ਚੰਡੀਗੜ੍ਹ, 30 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਮੋਹਾਲੀ-ਜ਼ੀਰਕਪੁਰ ਪੱਟੀ ਵਿੱਚ ਰੀਅਲ ਅਸਟੇਟ ਪ੍ਰੋਜੈਕਟਾਂ ਵਿੱਚ ਵਿੱਤੀ ਬੇਨਿਯਮੀਆਂ ਨੂੰ ਲੈ ਕੇ ਇਨਫੋਰਸਮੈਂਟ ਡਾਇਰੈਕਟੋਰੇਟ ਯਾਨੀ ਈਡੀ ਨੇ ਵੱਡੀ ਕਾਰਵਾਈ ਕੀਤੀ ਹੈ। ਖ਼ਬਰਾਂ ਮੁਤਾਬਕ ਈਡੀ ਨੇ ਰਾਇਲ ਅਸਟੇਟ ਗਰੁੱਪ ਦੇ ਪ੍ਰਮੋਟਰ ਪ੍ਰਵੀਨ ਕਾਂਸਲ ਅਤੇ ਨੀਰਜ ਕਾਂਸਲ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਇਹ ਕਾਰਵਾਈ ਚੰਡੀਗੜ੍ਹ, ਜ਼ੀਰਕਪੁਰ ਅਤੇ ਪੰਜਾਬ ਦੇ ਹੋਰ ਹਿੱਸਿਆਂ ਵਿੱਚ ਕੰਪਨੀ ਦੇ ਟਿਕਾਣਿਆਂ ‘ਤੇ ਮਨੀ ਲਾਂਡਰਿੰਗ ਐਕਟ ਤਹਿਤ ਮਾਰੀ ਗਈ ਰੇਡ ਤੋਂ ਬਾਅਦ ਸਾਹਮਣੇ ਆਈ ਹੈ। ਦਰਅਸਲ, ਇਹ ਪੂਰਾ ਮਾਮਲਾ ਪੰਜਾਬ ਪੁਲਿਸ ਵੱਲੋਂ ਸਾਲ 2025 ਵਿੱਚ ਐਸਏਐਸ ਨਗਰ ਵਿੱਚ ਦਰਜ ਕੀਤੀ ਗਈ ਇੱਕ ਐਫਆਈਆਰ ਨਾਲ ਜੁੜਿਆ ਹੋਇਆ ਹੈ। ਆਰੋਪ ਹੈ ਕਿ ਮੈਸਰਜ਼ ਚੰਡੀਗੜ੍ਹ ਰਾਇਲ ਸਿਟੀ ਪ੍ਰਮੋਟਰਜ਼ ਪ੍ਰਾਈਵੇਟ ਲਿਮਟਿਡ ਵੱਲੋਂ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (GMADA) ਨੂੰ ਕਾਨੂੰਨੀ ਦੇਣਦਾਰੀਆਂ ਦਾ ਭੁਗਤਾਨ ਨਹੀਂ ਕੀਤਾ ਗਿਆ ਅਤੇ 32.67 ਕਰੋੜ ਰੁਪਏ ਦੇ ਬਕਾਇਆ ਚੈੱਕਾਂ ਦੇ ਮਾਮਲੇ ਵਿੱਚ ਜਾਣਬੁੱਝ ਕੇ ਡਿਫਾਲਟ ਕੀਤਾ ਗਿਆ। ਈਡੀ ਦੀ ਜਾਂਚ ਵਿੱਚ ਇਹ ਵੀ ਪਾਇਆ ਗਿਆ ਕਿ ਪ੍ਰੋਜੈਕਟ ਦੇ ਫੰਡਾਂ ਨੂੰ ਹੋਰਨਾਂ ਸਹਿਯੋਗੀ ਇਕਾਈਆਂ ਰਾਹੀਂ ਡਾਇਵਰਟ ਕੀਤਾ ਗਿਆ ਸੀ। ਫਿਲਹਾਲ ਈਡੀ ਨੇ ਛਾਪੇਮਾਰੀ ਦੌਰਾਨ ਵੱਡੀ ਮਾਤਰਾ ਵਿੱਚ ਵਿੱਤੀ ਰਿਕਾਰਡ ਅਤੇ ਪ੍ਰਾਪਰਟੀ ਦੇ ਕਾਗਜ਼ਾਤ ਜ਼ਬਤ ਕੀਤੇ ਹਨ ਅਤੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

Spread the love