ਸਾਹਿਬਜ਼ਾਦਾ ਅਜੀਤ ਸਿੰਘ ਨਗਰ, 30 ਮਈ 2026, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਕੋਮਲ ਮਿੱਤਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ 1 ਜਨਵਰੀ 2026 ਨੂੰ ਯੋਗਤਾ ਮਿਤੀ ਮੰਨਦਿਆਂ ਕਰਵਾਈ ਜਾ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (ਸਪੈਸ਼ਲ ਇੰਟੈਨਸਿਵ ਰਿਵਿਜ਼ਨ) ਦੇ ਪ੍ਰੋਗਰਾਮ ਵਿੱਚ ਸੋਧ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਵੱਲੋਂ 29 ਮਈ 2026 ਨੂੰ ਜਾਰੀ ਹਦਾਇਤਾਂ ਅਨੁਸਾਰ ਇਸ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੋਧਿਆ ਹੋਇਆ ਕਾਰਜਕ੍ਰਮ ਪ੍ਰਵਾਨ ਕੀਤਾ ਗਿਆ ਹੈ।

ਸ੍ਰੀਮਤੀ ਮਿੱਤਲ ਨੇ ਦੱਸਿਆ ਕਿ ਸੋਧੇ ਹੋਏ ਪ੍ਰੋਗਰਾਮ ਅਨੁਸਾਰ ਜ਼ਿਲ੍ਹੇ ਦੀਆਂ ਵੋਟਰ ਸੂਚੀਆਂ ਦਾ ਡਰਾਫਟ ਪ੍ਰਕਾਸ਼ਨ ਹੁਣ 3 ਅਗਸਤ 2026 ਨੂੰ ਕੀਤਾ ਜਾਵੇਗਾ, ਜਦਕਿ ਪਹਿਲਾਂ ਇਹ 31 ਜੁਲਾਈ 2026 ਲਈ ਨਿਰਧਾਰਿਤ ਸੀ। ਇਸੇ ਤਰ੍ਹਾਂ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਦੀ ਮਿਆਦ 3 ਅਗਸਤ ਤੋਂ 2 ਸਤੰਬਰ 2026 ਤੱਕ ਰਹੇਗੀ। ਦਾਅਵਿਆਂ ਅਤੇ ਇਤਰਾਜ਼ਾਂ ਸਬੰਧੀ ਨੋਟਿਸ ਜਾਰੀ ਕਰਨ ਅਤੇ ਉਨ੍ਹਾਂ ਦੇ ਨਿਪਟਾਰੇ ਦੀ ਕਾਰਵਾਈ 3 ਅਗਸਤ ਤੋਂ 28 ਸਤੰਬਰ 2026 ਤੱਕ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਵਿਸ਼ੇਸ਼ ਸੰਖੇਪ ਸੁਧਾਈ ਨਾਲ ਸਬੰਧਤ ਬਾਕੀ ਸਾਰੀਆਂ ਗਤੀਵਿਧੀਆਂ ਪਹਿਲਾਂ ਤੋਂ ਜਾਰੀ ਕੀਤੇ ਗਏ ਕਾਰਜਕ੍ਰਮ ਅਨੁਸਾਰ ਹੀ ਕੀਤੀਆਂ ਜਾਣਗੀਆਂ, ਜਿਸ ਤਹਿਤ ਜ਼ਿਲ੍ਹਾ ਐਸ.ਏ.ਐਸ ਨਗਰ ਵਿੱਚ 25 ਜੂਨ,2026 ਤੋਂ 24 ਜੁਲਾਈ, 2026 ਤੱਕ ਬੀ ਐਲ ਓਜ਼ ਘਰੋਂ-ਘਰੀਂ ਜਾ ਕੇ ਵੋਟਰਜ਼ ਦੇ ਫਾਰਮ ਭਰਵਾਉਣਗੇ।

ਡਿਪਟੀ ਕਮਿਸ਼ਨਰ ਨੇ ਸਮੂਹ ਚੋਣ ਰਜਿਸਟ੍ਰੇਸ਼ਨ ਅਫ਼ਸਰਾਂ, ਸਹਾਇਕ ਚੋਣ ਰਜਿਸਟ੍ਰੇਸ਼ਨ ਅਫ਼ਸਰਾਂ, ਬੂਥ ਲੈਵਲ ਅਫ਼ਸਰਾਂ ਅਤੇ ਹੋਰ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੋਧੇ ਹੋਏ ਪ੍ਰੋਗਰਾਮ ਦਾ ਵਿਆਪਕ ਪ੍ਰਚਾਰ-ਪ੍ਰਸਾਰ ਯਕੀਨੀ ਬਣਾਇਆ ਜਾਵੇ ਤਾਂ ਜੋ ਹਰ ਯੋਗ ਵੋਟਰ ਇਸ ਪ੍ਰਕਿਰਿਆ ਬਾਰੇ ਜਾਣੂ ਹੋ ਸਕੇ ਅਤੇ ਸਮੇਂ ਸਿਰ ਆਪਣੇ ਦਾਅਵੇ ਜਾਂ ਇਤਰਾਜ਼ ਦਰਜ ਕਰਵਾ ਸਕੇ।

ਸ੍ਰੀਮਤੀ ਕੋਮਲ ਮਿੱਤਲ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਵੋਟਰ ਸੂਚੀਆਂ ਨੂੰ ਸ਼ੁੱਧ, ਪਾਰਦਰਸ਼ੀ ਅਤੇ ਅਪਡੇਟ ਬਣਾਈ ਰੱਖਣ ਲਈ ਇਸ ਮੁਹਿੰਮ ਵਿੱਚ ਪੂਰਾ ਸਹਿਯੋਗ ਦੇਣ।

Spread the love