ਚੰਡੀਗੜ੍ਹ, 15 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਮੰਗਾਂ ਨੂੰ ਲੈ ਕੇ ਪੰਜਾਬ ਦੇ ਗਵਰਨਰ ਹਾਊਸ ਵੱਲ ਕੂਚ ਕਰਦੇ ਕਿਸਾਨਾਂ ਨੂੰ ਚੰਡੀਗੜ੍ਹ ਬਾਰਡਰ ਉਤੇ ਅੱਗੇ ਵੱਧਣ ਤੋਂ ਰੋਕਣ ਲਈ ਪਾਣੀ ਦੀਆਂ ਬੁਛਾੜਾ ਕੀਤੀਆਂ ਗਈਆਂ। ਇਸ ਦੌਰਾਨ ਕਈ ਕਿਸਾਨਾਂ ਦੀਆਂ ਪੱਗਾਂ ਉਤਰ ਗਈਆਂ। ਇਸ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਵੱਲੋਂ ਐਲਾਨ ਕੀਤਾ ਗਿਆ ਕਿ ਕੱਲ੍ਹ ਨੂੰ ਸੂਬੇ ਭਰ ਵਿੱਚ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਅਤੇ ਭਾਰਤੀ ਜਨਤਾ ਪਾਰਟੀ ਦੇ ਪੁਤਲੇ ਸਾੜੇ ਜਾਣਗੇ। ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਅੱਜ ਜੋ ਕਿਸਾਨਾਂ ਉਤੇ ਅੱਤਿਆਚਾਰ ਕੀਤਾ ਗਿਆ ਹੈ ਉਹ ਭਾਜਪਾ ਦੇ ਇਸ਼ਾਰੇ ਉਤੇ ਕੀਤਾ ਗਿਆ ਹੈ, ਕਿਉਂ ਕਿ ਚੰਡੀਗੜ੍ਹ ‘ਚ ਭਾਰਤੀ ਜਨਤਾ ਪਾਰਟੀ ਦਾ ਸ਼ਾਸਨ ਹੈ। ਕਿਸਾਨ ਆਗੂ ਰਾਜੇਵਾਲ ਨੇ ਕਿਹਾ ਕਿ ਹੁਣ ਭਾਜਪਾ ਨਿਸਾਨੇ ਉਤੇ ਰਹੇਗੀ। ਉਨ੍ਹਾਂ ਕਿਹਾ ਕਿ 21 ਮਈ ਨੂੰ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਕਰਕੇ ਫੈਸਲਾ ਕੀਤਾ ਜਾਵੇਗਾ ਕਿ ਭਾਰਤੀ ਜਨਤਾ ਪਾਰਟੀ ਨਾਲ ਕਿਵੇਂ ਦਾ ਵਿਵਹਾਰ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਅੱਜ ਸਵੇਰੇ ਤੋਂ ਕਿਸਾਨ ਮੋਹਾਲੀ ਦੇ ਅੰਬ ਸਾਹਿਬ ਗੁਰਦੁਆਰਾ ਵਿਖੇ ਇਕੱਠੇ ਹੋਣਾ ਸ਼ੁਰੂ ਹੋ ਗਏ ਸਨ। ਕਿਸਾਨ ਕਰਜ਼ਾ ਸੀਮਾ ਅਤੇ ਐਮਐਸਪੀ, ਪੰਜਾਬ ਦੇ ਪਾਣੀਆਂ ਦਾ ਮਸਲਾ ਤੇ ਹੋਰਨਾਂ ਮੰਗਾਂ ਨੂੰ ਲੈ ਪੰਜਾਬ ਰਾਜ ਭਵਨ ਵੱਲ ਰਾਜਪਾਲ ਨੂੰ ਮੰਗ ਪੱਤਰ ਦੇਣ ਜਾ ਰਹੇ ਸਨ। ਚੰਡੀਗੜ੍ਹ ਪੁਲਿਸ ਨੇ ਕਿਸਾਨਾਂ ਨੂੰ ਅੱਗੇ ਜਾਣ ਤੋਂ ਰੋਕਣ ਲਈ ਬਾਰਡਰ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ। ਪ੍ਰਦਰਸ਼ਨਕਾਰੀਆਂ ਨੇ ਜਦੋਂ ਅੱਗੇ ਵੱਧਣ ਦੀ ਕੋਸ਼ਿਸ਼ ਕੀਤੀ ਤਾਂ ਚੰਡੀਗੜ੍ਹ ਪੁਲਿਸ ਨਾਲ ਝੜਪ ਹੋ ਗਈ। ਚੰਡੀਗੜ੍ਹ ਪੁਲਿਸ ਵੱਲੋਂ ਪਾਣੀ ਦੀਆਂ ਬੁਛਾੜਾਂ ਕੀਤੀਆਂ ਗਈਆਂ।

Spread the love