ਦੌਸਾ, 1 ਜੁਲਾਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਰਾਜਸਥਾਨ ਵਿੱਚ ਟਰੱਕ ਅਤੇ ਬੱਸ ਦੀ ਹੋਈ ਭਿਆਨਕ ਟੱਕਰ ਕਾਰਨ ਵਾਪਰੇ ਹਾਦਸੇ ਵਿੱਚ 8 ਦੀ ਮੌਤ ਹੋ ਗਈ ਅਤੇ 21 ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਰਾਜਸਥਾਨ ਦੇ ਦੌਸਾ ਤੋਂ ਇਹ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇੱਕ ਭਿਆਨਕ ਸੜਕ ਹਾਦਸੇ ਵਿੱਚ 8 ਲੋਕਾਂ ਦੀ ਜ਼ਿੰਦਾ ਸੜਨ ਕਾਰਨ ਮੌਤ ਹੋ ਗਈ। ਜਾਣਕਾਰੀ ਮੁਤਾਬਕ, ਦਿੱਲੀ ਹਾਈਵੇਅ ‘ਤੇ ਇੱਕ ਰੈਸਟ ਏਰੀਆ ਦੇ ਨੇੜੇ ਇੱਕ ਤੇਜ਼ ਰਫ਼ਤਾਰ ਟਰੱਕ ਅਤੇ ਬੱਸ ਦੀ ਆਹਮੋ-ਸਾਹਮਣੇ ਜ਼ੋਰਦਾਰ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੇਖਦੇ ਹੀ ਦੇਖਦੇ ਦੋਵਾਂ ਵਾਹਨਾਂ ਨੂੰ ਭਿਆਨਕ ਅੱਗ ਨੇ ਆਪਣੀ ਲਪੇਟ ਵਿੱਚ ਲੈ ਲਿਆ। ਇਸ ਹਾਦਸੇ ਵਿੱਚ 21 ਲੋਕ ਬੁਰੀ ਤਰ੍ਹਾਂ ਝੁਲਸ ਗਏ ਅਤੇ ਜ਼ਖ਼ਮੀ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਬੱਸ ਇੰਦੌਰ ਤੋਂ ਹਰਿਦੁਆਰ ਜਾ ਰਹੀ ਸੀ ਅਤੇ ਸਵੇਰੇ ਤੜਕੇ 2 ਤੋਂ 3 ਵਜੇ ਦੇ ਕਰੀਬ ਇਹ ਹਾਦਸਾ ਵਾਪਰਿਆ। ਅੱਗ ਲੱਗਣ ਕਾਰਨ ਬੱਸ ਦੇ ਅੰਦਰ ਕਈ ਸਵਾਰੀਆਂ ਫਸ ਗਈਆਂ, ਜਿਨ੍ਹਾਂ ਵਿੱਚ ਬੱਚੇ ਅਤੇ ਔਰਤਾਂ ਵੀ ਸ਼ਾਮਲ ਸਨ। ਘਟਨਾ ਦੀ ਸੂਚਨਾ ਮਿਲਦੇ ਹੀ ਐਸਪੀ, ਸੀਓ ਅਤੇ ਸਿਟੀ ਕੋਤਵਾਲ ਸਮੇਤ ਭਾਰੀ ਪੁਲਿਸ ਫੋਰਸ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚੀਆਂ। ਅੱਗ ‘ਤੇ ਕਾਬੂ ਪਾਉਣ ਤੋਂ ਬਾਅਦ ਜ਼ਖਮੀਆਂ ਨੂੰ ਤੁਰੰਤ ਐਂਬੂਲੈਂਸਾਂ ਰਾਹੀਂ ਨਜ਼ਦੀਕੀ ਹਸਪਤਾਲਾਂ ਵਿੱਚ ਪਹੁੰਚਾਇਆ ਗਿਆ ਹੈ, ਜਿੱਥੇ ਕਈਆਂ ਦੀ ਹਾਲਤ ਗੰਭੀਰ ਬਣੀ ਹੋਈ।

Spread the love