ਸੰਗਰੂਰ, 13 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿੳਰੋ :
ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਅੱਜ ਪੰਜਾਬ ਦੇ ਵਪਾਰੀ ਅਤੇ ਕਾਰੋਬਾਰੀ ਹਰਿਆਣਾ ਅਤੇ ਹੋਰ ਗੁਆਂਢੀ ਰਾਜਾਂ ਵੱਲ ਪਲਾਇਨ ਕਰ ਰਹੇ ਹਨ।
ਪੰਜਾਬ ਸਰਕਾਰ ਇਨ੍ਹਾਂ ਕਾਰੋਬਾਰੀਆਂ ਨੂੰ ਰੋਕਣ ਦੀ ਬਜਾਏ ਆਪਣੀ ਪਾਰਟੀ ਦੀ ਰਾਜਨੀਤੀ ਵਿੱਚ ਉਲਝੀ ਹੋਈ ਹੈ। ਅਰਵਿੰਦ ਖੰਨਾ ਨੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਚਲਾਈ ਜਾ ਰਹੀ ਜਨ ਸੰਪਰਕ ਮੁਹਿੰਮ ਦੇ ਹਿੱਸੇ ਵਜੋਂ ਅਗਰਵਾਲ ਸਭਾ ਸੰਗਰੂਰ ਵਿਖੇ ਆੜਤੀਆ ਐਸੋਸੀਏਸ਼ਨ ਅਤੇ ਹੋਰ ਸੰਗਠਨਾਂ ਨਾਲ ਮੁਲਾਕਾਤ ਕੀਤੀ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਸ ਸਮੇਂ ਛੋਟੇ ਅਤੇ ਦਰਮਿਆਨੇ ਉਦਯੋਗਪਤੀ ਅਤੇ ਕਾਰੋਬਾਰੀ ਸੰਕਟ ਦਾ ਸਾਹਮਣਾ ਕਰ ਰਹੇ ਹਨ। ਸਰਕਾਰੀ ਦਫ਼ਤਰਾਂ ਵਿੱਚ ਬਿਨਾਂ ਪੈਸੇ ਦਿੱਤੇ ਕੋਈ ਕੰਮ ਨਹੀਂ ਹੋ ਰਿਹਾ। ਖੰਨਾ ਨੇ ਕਿਹਾ ਕਿ ਸਿੰਗਲ-ਵਿੰਡੋ ਸਿਸਟਮ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੌਰਾਨ ਲਾਗੂ ਕੀਤਾ ਗਿਆ ਸੀ। ਮੌਜੂਦਾ ਸਰਕਾਰ ਸਿਰਫ਼ ਕਾਰੋਬਾਰੀਆਂ ਤੋਂ ਜਬਰੀ ਵਸੂਲੀ ਲਈ ਸਿੰਗਲ-ਵਿੰਡੋ ਸਿਸਟਮ ਚਲਾ ਰਹੀ ਹੈ।
ਸੂਬੇ ਵਿੱਚ ਉਦਯੋਗਪਤੀਆਂ ਤੋਂ ਆਏ ਦਿਨ ਫਿਰੌਤੀ ਮੰਗੀ ਜਾ ਰਹੀ ਹੈ। ਖੰਨਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਟ੍ਰੇਡ ਅਤੇ ਵਪਾਰ ਵਿੰਗ ਸੂਬੇ ਦੇ ਕਾਰੋਬਾਰੀਆਂ, ਵਪਾਰੀਆਂ ਅਤੇ ਉਦਯੋਗਪਤੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਪੁੱਛਗਿੱਛ ਕਰ ਰਿਹਾ ਹੈ। ਪੰਜਾਬ ਵਿੱਚ ਅਕਾਲੀ ਦਲ ਦੀ ਸਰਕਾਰ ਦੇ ਸੱਤਾ ਵਿੱਚ ਆਉਣ ’ਤੇ ਕਾਰੋਬਾਰੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ। ਅਕਾਲੀ ਦਲ ਦਾ ਟ੍ਰੇਡ ਅਤੇ ਵਪਾਰ ਵਿੰਗ ਇਸਦੇ ਲਈ ਵਚਨਬੱਧ ਹੈ। ਇਸ ਮੌਕੇ ਆੜ੍ਹਤੀਆ ਐਸੋਸੀਏਸ਼ਨ ਸਬਜ਼ੀ ਮੰਡੀ, ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਮੋਹਨ ਲਾਲ ਗਰਗ ਅਤੇ ਹੋਰ ਵਪਾਰਕ ਆਗੂਆਂ ਨੇ ਅਰਵਿੰਦ ਖੰਨਾ ਦਾ ਸਵਾਗਤ ਕੀਤਾ ਅਤੇ ਵਪਾਰੀ ਭਾਈਚਾਰੇ ਦੀਆਂ ਸਮੱਸਿਆਵਾਂ ‘ਤੇ ਚਰਚਾ ਕੀਤੀ।













