ਮੋਹਾਲੀ, 11 ਅਪ੍ਰੈਲ, ਪ੍ਰਾਈਮ ਏਸ਼ੀਆ ਬਿਊਰੋ :

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 8ਵੀਂ ਕਲਾਸ ਦੇ ਨਤੀਜੇ ਦਾ ਐਲਾਨ ਕੀਤਾ ਗਿਆ ਹੈ। ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਨਤੀਜੇ ਵਿੱਚ ਪਹਿਲੇ ਤਿੰਨਾਂ ਸਥਾਨਾਂ ਉਤੇ ਕੁੜੀਆਂ ਨੇ ਬਾਜ਼ੀ ਮਾਰੀ ਹੈ। ਫਰੀਦਕੋਟ ਜ਼ਿਲ੍ਹੇ ਦੇ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ, ਜੈਤੋ ਦੀ ਵਿਦਿਆਰਥਣ ਤਮੰਨਾ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ 8ਵੀਂ ਦੇ ਨਤੀਜੇ ਵਿੱਚ 600 ਵਿਚੋਂ 600 ਅੰਕ ਹਾਸਲ ਕਰਕੇ ਸੂਬੇ ਭਰ ਵਿੱਚੋਂ ਅੱਵਲ ਰਹੀ ਹੈ।

ਸਰਕਾਰੀ ਮਿਡਲ ਸਕੂਲ, ਅਕਵਾਸ (ਸੰਗਰੂਰ) ਦੀ ਵਿਦਿਆਰਥਣ ਜਪਨੀਤ ਕੌਰ ਅਤੇ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਕੋਟ ਸੁਖੀਆ (ਫਰੀਦਕੋਟ) ਦੀ ਵਿਦਿਆਰਥਣ ਜਸ਼ਨਦੀਪ ਕੌਰ ਨੇ 600 ਵਿੱਚੋਂ 598 (99.67 ਫੀਸਦੀ) ਅੰਕ ਪ੍ਰਾਪਤ ਕੀਤੇ ਅਤੇ ਕ੍ਰਮਵਾਰ ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ। ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਨੇ ਕੌਮੀ ਪੱਧਰ ਉੱਤੇ ਖੇਡਾਂ ਵਿੱਚ ਵੀ ਮੱਲਾਂ ਮਾਰੀਆਂ ਹਨ।

ਕੁੱਲ 2 ਲੱਖ 62 ਹਜ਼ਾਰ 966 ਵਿਦਿਆਰਥੀਆਂ ਨੇ 8ਵੀਂ ਦੀ ਪ੍ਰੀਖਿਆ ਦਿੱਤੀ, ਜਿਨ੍ਹਾਂ ਵਿੱਚੋਂ 2 ਲੱਖ 53 ਹਜ਼ਾਰ 789 ਪਾਸ ਹੋਏ ਜਿਸ ਨਾਲ ਪਾਸ ਪ੍ਰਤੀਸ਼ਤਤਾ 96.51 ਫੀਸਦੀ ਰਹੀ।

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ 96.51 ਫ਼ੀਸਦੀ ਪਾਸ ਪ੍ਰਤੀਸ਼ਤਤਾ ਦਾ ਸਿਹਰਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਵਿਦਿਅਕ ਸੁਧਾਰਾਂ ਨੂੰ ਦਿੱਤਾ। ਹਰਜੋਤ ਸਿੰਘ ਬੈਂਸ ਨੇ ਪਾਸ ਹੋਏ ਵਿਦਿਆਰਥੀਆਂ ਨੂੰ ਦਿਲੋਂ ਵਧਾਈ ਦਿੱਤੀ।

Spread the love