ਚੰਡੀਗੜ੍ਹ, 15 ਨਵੰਬਰ

ਪੰਜਾਬ ਰੋਡਵੇਜ਼, ਪਨਬੱਸ, ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਅੱਜ ਤੋਂ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਸੂਬੇ ਦੇ 27 ਡਿਪੂਆਂ ਦੇ ਬਾਹਰ ਸਰਕਾਰ ਖ਼ਿਲਾਫ਼ ਗੇਟ ਰੈਲੀ ਕੀਤੀ ਗਈ। ਪੰਜਾਬ ਰੋਡਵੇਜ਼, ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਬੈਨਰ ਹੇਠ ਕੱਚੇ ਕਾਮਿਆਂ ਨੇ ਸੋਮਵਾਰ ਨੂੰ ਪੀਆਰਟੀਸੀ ਦੇ ਪਟਿਆਲਾ ਡਿਪੂ ਦੇ ਗੇਟ ’ਤੇ ਅਰਥੀ ਫੂਕ ਰੈਲੀ ਕੀਤੀ। ਇਸ ਦੌਰਾਨ ਚੰਨੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਪੀਆਰਟੀਸੀ ਅਤੇ ਪਨਬੱਸ ਸਮੇਤ ਪੰਜਾਬ ਰੋਡਵੇਜ਼ ਦੇ ਸਾਰੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਮੰਗ ਕੀਤੀ ਗਈ।

ਕੱਚੇ ਕਾਮਿਆਂ ਨੇ ਮੁੱਖ ਮੰਤਰੀ ਚੰਨੀ ਅਤੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ’ਤੇ ਵਾਅਦਾ ਖ਼ਿਲਾਫ਼ੀ ਦਾ ਦੋਸ਼ ਲਾਉਂਦਿਆਂ ਐਲਾਨ ਕੀਤਾ ਕਿ 23 ਨਵੰਬਰ ਤੋਂ ਕੱਚੇ ਕਾਮੇ ਅਣਮਿੱਥੇ ਸਮੇਂ ਲਈ ਹੜਤਾਲ ’ਤੇ ਚਲੇ ਜਾਣਗੇ, ਜਿਸ ਦੇ ਸਿੱਟੇ ਨਿਕਲਣ ਲਈ ਸਰਕਾਰ ਖ਼ੁਦ ਜ਼ਿੰਮੇਵਾਰ ਹੋਵੇਗੀ। ਉਨ੍ਹਾਂ ਸਰਕਾਰ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਵਾਅਦਾ ਖ਼ਿਲਾਫ਼ੀ ਦਾ ਖ਼ਮਿਆਜ਼ਾ ਭੁਗਤਣ ਦੀ ਚੇਤਾਵਨੀ ਵੀ ਦਿੱਤੀ।

ਯੂਨੀਅਨ ਦੇ ਸੀਨੀਅਰ ਸੂਬਾ ਮੀਤ ਪ੍ਰਧਾਨ ਹਰਕੇਸ਼ ਵਿੱਕੀ, ਡਿਪੂ ਹੈੱਡ ਸਹਿਜਪਾਲ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਯੂਨੀਅਨ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਹੋਰਨਾਂ ਵਿਭਾਗਾਂ ਦੀ ਤਰਜ਼ ’ਤੇ ਟਰਾਂਸਪੋਰਟ ਵਿਭਾਗ ਵੱਲੋਂ ਸਾਰੇ ਕੱਚੇ ਮੁਲਾਜ਼ਮਾਂ ਨੂੰ ਤੁਰੰਤ ਪੱਕਾ ਕਰਨ ਦੀ ਮੰਗ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ ਗਿਆ। ਪਰ ਸਰਕਾਰ ਨੇ ਆਪਣੇ ਵਾਅਦਿਆਂ ਦੇ ਉਲਟ 10 ਸਾਲਾਂ ਤੋਂ ਕੰਮ ਕਰ ਰਹੇ ਠੇਕਾ ਮੁਲਾਜ਼ਮਾਂ ਨੂੰ ਹੀ ਪੱਕਾ ਕਰਨ ਦਾ ਐਲਾਨ ਕੀਤਾ ਹੈ, ਜਿਸ ਨੂੰ ਟਰਾਂਸਪੋਰਟ ਮੁਲਾਜ਼ਮ ਕਿਸੇ ਵੀ ਕੀਮਤ ‘ਤੇ ਲਾਗੂ ਨਹੀਂ ਹੋਣ ਦੇਣਗੇ। ਇਸ ਦੇ ਨਾਲ ਹੀ ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਠੇਕਾ ਮੁਲਾਜ਼ਮਾਂ ਨੂੰ ਵੀ ਰੈਗੂਲਰ ਕਰਨ ਸਬੰਧੀ ਕੀਤੇ ਐਲਾਨ ਤੋਂ ਬਾਹਰ ਰੱਖਿਆ ਗਿਆ ਹੈ।

ਇਸ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਟਰਾਂਸਪੋਰਟ ਵਿਭਾਗ ਦੇ ਠੇਕਾ ਮੁਲਾਜ਼ਮਾਂ ਨਾਲ ਧੋਖਾ ਕਰ ਚੁੱਕੇ ਹਨ। ਕੈਪਟਨ ਨੇ 10 ਦਿਨਾਂ ਦੇ ਅੰਦਰ ਤਨਖ਼ਾਹ ਵਿੱਚ 30 ਫ਼ੀਸਦੀ ਵਾਧੇ ਅਤੇ ਰੈਗੂਲਰ ਕਰਨ ਦਾ ਐਲਾਨ ਕੀਤਾ ਸੀ। ਇਹ ਫੈਸਲਾ ਪਨਬੱਸ ਅਤੇ ਪੀ.ਆਰ.ਟੀ.ਸੀ ਦੇ ਅੱਧੇ ਮੁਲਾਜ਼ਮਾਂ ‘ਤੇ ਲਾਗੂ ਹੋ ਗਿਆ ਹੈ, ਜਦਕਿ ਅਜੇ ਵੀ ਐਡਵਾਂਸ ਬੁੱਕ ਕਰਨ ਵਾਲੇ, ਡਾਟਾ ਐਂਟਰੀ ਆਪਰੇਟਰ, ਕੰਪਿਊਟਰ ਕਰਮਚਾਰੀਆਂ ਦੀਆਂ ਤਨਖਾਹਾਂ ‘ਚ ਵਾਧਾ ਨਹੀਂ ਹੋਇਆ ਹੈ।

ਹੁਣ ਇਹ ਗੱਲ ਸਾਹਮਣੇ ਆਈ ਹੈ ਕਿ ਸਰਕਾਰ ਠੇਕਾ ਮੁਲਾਜ਼ਮਾਂ ਨੂੰ 10 ਸਾਲਾਂ ਲਈ ਪੱਕਾ ਕਰਨ ਜਾ ਰਹੀ ਹੈ, ਜੋ ਉਨ੍ਹਾਂ ਦੀ ਯੂਨੀਅਨ ਨੂੰ ਮਨਜ਼ੂਰ ਨਹੀਂ ਹੈ। ਇਸ ਕਾਰਨ ਉਹ 23 ਨਵੰਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਕਰਨ ਜਾ ਰਹੇ ਹਨ।

Spread the love