ਚੰਡੀਗੜ੍ਹ, 9 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅੱਜ ਅਕਾਲੀ ਦਲ ਵਾਰਸ਼ ਪੰਜਾਬ ਦੇ ਵਿੱਚ ਸ਼ਾਮਲ ਹੋ ਗਏ ਹਨ। ਪਾਰਟੀ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਮਨਪ੍ਰੀਤ ਸਿੰਘ ਇਆਲੀ ਨੇ ਗੁਰਦੁਆਰਾ ਸਾਹਿਬ ਥੜਾ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਅਰਦਾਸ ਕੀਤੀ ਅਤੇ ਇਸ ਤੋਂ ਬਾਅਦ ਚੰਡੀਗੜ੍ਹ ਲਈ ਰਵਾਨਾ ਹੋਏ। ਚੰਡੀਗੜ੍ਹ ਵਿੱਚ ਆਯੋਜਿਤ ਸਮਾਗਮ ਦੌਰਾਨ ਉਨ੍ਹਾਂ ਨੇ ਪਾਰਟੀ ਦੀ ਮੈਂਬਰਸ਼ਿਪ ਲਈ। ਇਸ ਮੌਕੇ ਗੱਲਬਾਤ ਕਰਦਿਆਂ ਇਆਲੀ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਮਕਸਦ ਪੰਜਾਬ ਅਤੇ ਪੰਥਕ ਵਿਚਾਰਧਾਰਾ ਨਾਲ ਜੁੜੀਆਂ ਸਾਰੀਆਂ ਪਾਰਟੀਆਂ ਅਤੇ ਜਥੇਬੰਦੀਆਂ ਨੂੰ ਇੱਕ ਮੰਚ ‘ਤੇ ਲਿਆਉਣਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਪੰਥਕ ਤਾਕਤਾਂ ਦੀ ਏਕਤਾ ਬਹੁਤ ਜ਼ਰੂਰੀ ਹੈ ਤਾਂ ਜੋ ਪੰਜਾਬ ਅਤੇ ਪੰਜਾਬੀਅਤ ਨਾਲ ਜੁੜੇ ਮੁੱਦਿਆਂ ਨੂੰ ਮਜ਼ਬੂਤੀ ਨਾਲ ਉਠਾਇਆ ਜਾ ਸਕੇ। ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਉਹ ਹਮੇਸ਼ਾ ਤੋਂ ਪੰਥਕ ਏਕਤਾ ਦੇ ਹਮਾਇਤੀ ਰਹੇ ਹਨ ਅਤੇ ਅੱਗੇ ਵੀ ਇਸੇ ਦਿਸ਼ਾ ਵਿੱਚ ਕੰਮ ਕਰਦੇ ਰਹਿਣਗੇ। ਉਨ੍ਹਾਂ ਉਮੀਦ ਜਤਾਈ ਕਿ ਵੱਖ-ਵੱਖ ਪੰਥਕ ਧਿਰਾਂ ਆਪਣੇ ਮਤਭੇਦ ਭੁਲਾ ਕੇ ਇੱਕ ਸਾਂਝੇ ਮੰਚ ‘ਤੇ ਆਉਣਗੀਆਂ, ਜਿਸ ਨਾਲ ਪੰਜਾਬ ਦੇ ਹਿੱਤਾਂ ਦੀ ਹੋਰ ਮਜ਼ਬੂਤੀ ਨਾਲ ਆਵਾਜ਼ ਬੁਲੰਦ ਕੀਤੀ ਜਾ ਸਕੇਗੀ।

Spread the love