ਚੰਡੀਗੜ੍ਹ, 29 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026’ ਸਬੰਧੀ ਤਲਬ ਕੀਤੇ ਗਏ ਸਿੱਖ ਮੰਤਰੀ ਅਤੇ ਵਿਧਾਇਕ ਅੱਜ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਉਤੇ ਪੇਸ਼ ਹੋਣਗੇ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਸਿੱਖ ਮੰਤਰੀਆਂ ਅਤੇ ਵਿਧਾਇਕਾਂ ਨੂੰ ਸਕੱਤਰੇਤ ਉਤੇ ਤਲਬ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਜਥੇਦਾਰ ਕੁਲਦੀਪ ਸਿੰਘ ਗੜਗੱਜ ਅਤੇ ਐਸਜੀਪੀਸੀ ਲਗਾਤਾਰ ਇਹ ਕਹਿ ਰਹੇ ਹਨ ਕਿ ਬੇਅਦਬੀਆਂ ਰੋਕਣ ਲਈ ਜੋ ਸਰਕਾਰ ਵੱਲੋਂ ਕਾਨੂੰਨ ਬਣਾਇਆ ਗਿਆ ਹੈ ਉਹ ਪੰਥ ਦੀ ਸਲਾਹ ਲਏ ਤੋਂ ਬਿਨਾਂ ਬਣਾਇਆ ਗਿਆ ਹੈ। ਦੱਸ ਦੇਈਏ ਕਿ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਧਾਨ ਸਭਾ ‘ਚ ਲਿਆਂਦੇ ਗਏ ਐਕਟ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੇ ਹੋਰ ਪੰਥਕ ਆਗੂਆਂ ਵੱਲੋ ਮਤਭੇਦ ਜਤਾਏ ਗਏ ਸਨ। ਇਸ ਸਬੰਧ ‘ਚ ਉਨ੍ਹਾਂ ਨੇ ਪੰਜਾਬ ਵਿਧਾਨ ਸਭਾ ਦੇ ਮੰਤਰੀਆਂ ਤੇ ਵਿਧਾਇਕਾਂ ਨੂੰ ਸਕੱਤਰੇਤ ਉਤੇ ਤਲਬ ਕੀਤਾ ਗਿਆ ਹੈ।

ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਹਿ ਚੁੱਕੇ ਹਨ ਕਿ ਵਿਧਾਨ ਸਭਾ ਦੇ ਸਪੀਕਰ ਸਮੇਤ ਉਨ੍ਹਾਂ ਦੇ ਸਾਰੇ ਸਿੱਖ ਵਿਧਾਇਕ ਤੇ ਮੰਤਰੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਲਿਖਤੀ ਜਵਾਬ ਦੇਣਗੇ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ ਦਾ ਸਮਾਂ ਸਵੇਰੇ 11 ਵਜੇ ਦਾ ਰੱਖਿਆ ਗਿਆ ਹੈ। ਕਾਂਗਰਸੀ, ਭਾਜਪਾ, ਸ਼੍ਰੋਮਣੀ ਅਕਾਲੀ ਦਲ ਤੇ ਆਜ਼ਾਦ ਸਾਰੇ ਸਿੱਖ ਵਿਧਾਇਕਾਂ ਦੇ ਨਿੱਜੀ ਤੌਰ ‘ਤੇ ਪੇਸ਼ ਹੋਣ ਦੀ ਉਮੀਦ ਹੈ। 

Spread the love