ਕਪੂਰਥਲਾ, 14 ਜੁਲਾਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਕਪੂਰਥਲਾ ਵਿਚੋਂ ਇਕ ਦਿਲ ਕੰਬਾਊ ਘਟਨਾ ਸਾਹਮਣੇ ਆਈ ਹੈ ਜਿੱਥੇ ਇਕ ਮਾਂ ਨੇ ਆਪਣੇ ਤਿੰਨ ਬੱਚਿਆਂ ਸਮੇਤ ਕੋਈ ਜ਼ਹਿਰੀਲੀ ਦਵਾਈ ਖਾ ਲਈ। ਇਹ ਘਟਨਾ ਪਿੰਡ ਮਲੂ ਕਾਦਰਾਬਾਦ ਵਿੱਚ ਵਾਪਰੀ। ਇਸ ਘਟਨਾ ਦਾ ਉਸ ਸਮੇਂ ਪਤਾ ਚੱਲਿਆ ਜਦੋਂ ਲਵਕੁਸ਼ ਕੁਮਾਰ ਰੋਜ਼ਾਨਾਂ ਦੀ ਤਰ੍ਹਾਂ ਰਾਤ ਨੂੰ ਖੇਤਾਂ ਵਿਚੋਂ ਕੰਮ ਕਰਨ ਤੋਂ ਬਾਅਦ ਘਰ ਵਾਪਸ ਆਇਆ ਤਾਂ ਦੇਖਿਆ ਕਿ ਤਿੰਨੇ ਬੱਚੇ ਧਰਤੀ ਉਤੇ ਬੇਹੋਸ਼ ਪਏ ਸਨ ਅਤੇ ਪਤਨੀ ਸੰਤੋਸ਼ ਦੇਵੀ ਉਲਟੀਆਂ ਕਰ ਰਹੀ ਸੀ। ਉਸ ਨੇ ਤੁਰੰਤ 108 ਉਤੇ ਐਬੂਲੈਂਸ ਨੂੰ ਫੋਨ ਕਰਕੇ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਐਂਬੂਲੈਂਸ ਰਾਹੀਂ ਸਾਰਿਆਂ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਹਸਪਤਾਲ ਕਪੂਰਥਲਾ ਵਿਚ ਭਰਤੀ ਕਰਵਾਇਆ ਗਿਆ। ਜਿੱਥੇ ਇਲਾਜ ਦੌਰਾਨ 6 ਸਾਲ ਦੀ ਧੀ ਖੁਸ਼ੀ ਦੀ ਮੌਤ ਹੋ ਗਈ। ਜਦੋਂ ਕਿ ਇਕ ਧੀ ਤੇ ਇਕ ਪੁੱਤ ਅਤੇ ਪਤਨੀ ਦੀ ਹਾਲਤ ਗੰਭੀਰ ਹੋਣ ਕਾਰਨ ਅੰਮ੍ਰਿਤਸਰ ਦੇ ਮੈਡੀਕਲ ਕਾਲਜ ਭੇਜ ਦਿੱਤਾ ਗਿਆ। ਸਾਰਿਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਦਰ ਪੁਲਿਸ ਦੀ ਟੀਮ ਮੌਕੇ ਉਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਥਾਣਾ ਮੁਖੀ ਨੇ ਦੱਸਿਆ ਕਿ ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Spread the love