ਚੰਡੀਗੜ੍ਹ, 23 ਅਪ੍ਰੈਲ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੀਆਂ ਮੁਸ਼ਕਲਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਅੰਮ੍ਰਿਤਪਾਲ ਸਿੰਘ ‘ਤੇ ਲੱਗੇ ਕੌਮੀ ਸੁਰੱਖਿਆ ਕਾਨੂੰਨ ਦੀ ਮਿਆਦ ਬੀਤੇ ਕੱਲ੍ਹ ਖ਼ਤਮ ਹੋ ਚੁੱਕੀ ਹੈ, ਜਿਸ ਤੋਂ ਬਾਅਦ ਹੁਣ ਪੰਜਾਬ ਪੁਲਿਸ ਅਜਨਾਲਾ ਥਾਣਾ ਹਮਲੇ ਦੇ ਮਾਮਲੇ ਵਿੱਚ ਉਨ੍ਹਾਂ ਨੂੰ ਰਸਮੀ ਤੌਰ ‘ਤੇ ਗ੍ਰਿਫ਼ਤਾਰ ਕਰਨ ਦੀ ਤਿਆਰੀ ਵਿੱਚ ਹੈ। ਅੱਜ ਅੰਮ੍ਰਿਤਪਾਲ ਸਿੰਘ ਨੂੰ ਅਜਨਾਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਸੁਰੱਖਿਆ ਕਾਰਨਾਂ ਅਤੇ ਹਾਈ ਕੋਰਟ ਦੇ ਹੁਕਮਾਂ ਦੇ ਮੱਦੇਨਜ਼ਰ, ਉਨ੍ਹਾਂ ਨੂੰ ਪੰਜਾਬ ਲਿਆਉਣ ਦੀ ਬਜਾਏ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਦੌਰਾਨ ਅਦਾਲਤ ਵੱਲੋਂ ਮਾਮਲੇ ਦੀ ਅਗਲੀ ਕਾਰਵਾਈ ਅਤੇ ਪੁਲਿਸ ਰਿਮਾਂਡ ਸਬੰਧੀ ਫ਼ੈਸਲਾ ਲਿਆ ਜਾ ਸਕਦਾ ਹੈ। ਫਰਵਰੀ 2023 ਵਿੱਚ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਮਰਥਕਾਂ ਵੱਲੋਂ ਅਜਨਾਲਾ ਥਾਣੇ ‘ਤੇ ਹਮਲਾ ਕੀਤਾ ਗਿਆ ਸੀ। ਅੰਮ੍ਰਿਤਪਾਲ ਸਿੰਘ ਐਨਐਸਏ ਦੇ ਤਹਿਤ ਅਪ੍ਰੈਲ 2023 ਤੋਂ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਸਨ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅਮਨ-ਕਾਨੂੰਨ ਦੀ ਸਥਿਤੀ ਨੂੰ ਦੇਖਦੇ ਹੋਏ ਅਦਾਲਤੀ ਕਾਰਵਾਈ ਵੀਡੀਓ ਕਾਨਫਰੰਸਿੰਗ ਰਾਹੀਂ ਕਰਨ ਦੀ ਇਜਾਜ਼ਤ ਦਿੱਤੀ ਹੈ।

Spread the love