Breaking News
ਡਾ. ਰਵਜੋਤ ਸਿੰਘ ਨੇ ਜੇਲ੍ਹ ਵਿਭਾਗ ਦੀ ਕਾਰਗੁਜ਼ਾਰੀ ਦੀ ਸਮੀਖਿਆ, ਜੇਲ੍ਹ ਸੁਪਰਡੈਂਟਾਂ ਨਾਲ ਕੀਤੀ ਮੀਟਿੰਗ

ਚੰਡੀਗੜ੍ਹ/ਹੁਸ਼ਿਆਰਪੁਰ, 04 ਅਪ੍ਰੈਲ :

ਪੰਜਾਬ ਦੇ ਸੰਸਦੀ ਮਾਮਲਿਆਂ, ਐਨ.ਆਰ.ਆਈ ਮਾਮਲੇ ਅਤੇ ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਹੁਸ਼ਿਆਰਪੁਰ ਦੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿੱਚ ਸਾਰੇ ਜੇਲ੍ਹ ਸੁਪਰਡੈਂਟਾਂ ਦੀ ਮੀਟਿੰਗ ਦੀ ਅਗਵਾਈ ਕੀਤੀ।

ਇਸ ਮੀਟਿੰਗ ਵਿੱਚ ਸ੍ਰੀ ਅਰੁਣ ਪਾਲ ਸਿੰਘ, ਆਈਪੀਐਸ, ਏਡੀਜੀਪੀ ਜੇਲ੍ਹਾਂ, ਸ਼੍ਰੀ ਸੁਰਿੰਦਰ ਪਾਲ ਸਿੰਘ ਮੰਡ, ਆਈਪੀਐਸ, ਡੀਆਈਜੀ ਜੇਲ੍ਹਾਂ (ਫਿਰੋਜ਼ਪੁਰ ਅਤੇ ਪਟਿਆਲਾ ਰੇਂਜ), ਸ਼੍ਰੀ ਸੁਖਮੰਦਰ ਸਿੰਘ ਮਾਨ, ਆਈਪੀਐਸ, ਡੀਆਈਜੀ ਜੇਲ੍ਹਾਂ (ਅੰਮ੍ਰਿਤਸਰ ਰੇਂਜ) ਅਤੇ ਸ਼੍ਰੀ ਮਨਮੋਹਨ ਕੁਮਾਰ, ਡੀਆਈਜੀ ਹੈੱਡਕੁਆਰਟਰ ਸਮੇਤ ਸਾਰੇ ਜੇਲ੍ਹ ਸੁਪਰਡੈਂਟ ਅਤੇ ਜੇਲ੍ਹ ਮੁੱਖ ਦਫ਼ਤਰ ਦੇ ਅਧਿਕਾਰੀ ਹਾਜ਼ਰ ਸਨ।

ਇਹ ਮੀਟਿੰਗ ਜੇਲ੍ਹ ਅਧਿਕਾਰੀਆਂ ਨਾਲ ਸ਼ੁਰੂਆਤੀ ਜਾਣ-ਪਹਿਚਾਣ ਸਬੰਧੀ ਸੀ, ਜਿਸ ਦੌਰਾਨ ਜੇਲ੍ਹ ਮੰਤਰੀ ਨੂੰ ਵਿਭਾਗ ਦੀ ਸਮੁੱਚੀ ਕਾਰਗੁਜ਼ਾਰੀ ਅਤੇ ਅਹਿਮ ਪਹਿਲਕਦਮੀਆਂ ਬਾਰੇ ਜਾਣੂ ਕਰਵਾਇਆ ਗਿਆ, ਜਿਨ੍ਹਾਂ ਵਿੱਚ ਜੇਲ੍ਹਾਂ ਵਿੱਚ ਭੀੜਭਾੜ ਅਤੇ ਉੱਚ-ਖ਼ਤਰੇ ਵਾਲੇ ਕੈਦੀਆਂ ਦੇ ਪ੍ਰਬੰਧਨ ਵਰਗੀਆਂ ਚੁਣੌਤੀਆਂ ਦਾ ਹੱਲ ਕਰਨਾ ਸ਼ਾਮਲ ਹੈ।

ਜੇਲ੍ਹ ਮੰਤਰੀ ਨੂੰ ਪ੍ਰਸਤਾਵਿਤ “ਪੰਜਾਬ ਪ੍ਰਿਜ਼ਨਜ਼ ਐਂਡ ਕਰੈਕਸ਼ਨਲ ਸਰਵਿਸਿਜ਼ ਬਿੱਲ” ਅਤੇ “ਪੰਜਾਬ ਗੁੱਡ ਕੰਡਕਟ ਪ੍ਰਿਜ਼ਨਰਜ਼ ਬਿੱਲ” ਬਾਰੇ ਵੀ ਜਾਣਕਾਰੀ ਦਿੱਤੀ ਗਈ, ਜੋ ਇਸ ਵੇਲੇ ਪੰਜਾਬ ਸਰਕਾਰ ਦੇ ਵਿਚਾਰ ਅਧੀਨ ਹਨ। ਇਸ ਤੋਂ ਇਲਾਵਾ, ਵਿਭਾਗ ਦੀ ਪੁਨਰ-ਰਚਨਾ ਸਬੰਧੀ ਪ੍ਰਸਤਾਵਾਂ ‘ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ, ਜਿਸ ਵਿੱਚ ਸੂਬੇ ਦੀਆਂ ਸਾਰੀਆਂ ਜੇਲ੍ਹਾਂ ਵਿੱਚ ਕਾਰਗੁਜ਼ਾਰੀ ਮਜ਼ਬੂਤ ਕਰਨ ਲਈ ਵਾਧੂ ਅਸਾਮੀਆਂ ਦੀ ਲੋੜ ਸ਼ਾਮਲ ਹੈ।

ਕੈਬਨਿਟ ਮੰਤਰੀ ਨੇ ਜੇਲ੍ਹ ਸੁਪਰਡੈਂਟਾਂ ਵੱਲੋਂ ਉਠਾਏ ਗਏ ਮੁੱਦਿਆਂ ਨੂੰ ਵੀ ਧਿਆਨ ਨਾਲ ਸੁਣਿਆ, ਜਿਨ੍ਹਾਂ ਵਿੱਚ ਸਟਾਫ ਦੀ ਘਾਟ ਅਤੇ ਸੀਵਰੇਜ ਟ੍ਰੀਟਮੈਂਟ ਪਲਾਂਟਾਂ ਦੀ ਕਾਰਗੁਜ਼ਾਰੀ, ਜੇਲ੍ਹਾਂ ਵਿੱਚ ਟਾਇਲਟਾਂ ਦੀ ਮੁਰੰਮਤ ਅਤੇ ਰਿਹਾਇਸ਼ੀ ਕਾਲੋਨੀਆਂ ਦੀ ਮੁਰੰਮਤ ਵਰਗੀਆਂ ਚਿੰਤਾਵਾਂ ਸ਼ਾਮਲ ਹਨ।

ਇਸ ਮੌਕੇ ਜੇਲ੍ਹ ਮੰਤਰੀ ਨੂੰ ਚੱਲ ਰਹੇ ਅਤੇ ਭਵਿੱਖ ‘ਚ ਆਉਣ ਵਾਲੇ ਢਾਂਚਾਗਤ ਪ੍ਰੋਜੈਕਟਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ, ਜਿਨ੍ਹਾਂ ਵਿੱਚ ਲੁਧਿਆਣਾ ਵਿੱਚ ਹਾਈ ਸਕਿਉਰਟੀ ਜੇਲ੍ਹ ਦੀ ਉਸਾਰੀ ਅਤੇ ਪਟਿਆਲਾ ਵਿੱਚ ਮਹਿਲਾ ਓਪਨ ਜੇਲ੍ਹ ਦੀ ਸਥਾਪਨਾ ਦੇ ਪ੍ਰਸਤਾਵ ਸ਼ਾਮਲ ਹਨ। ਜੇਲ੍ਹ ਮੰਤਰੀ ਨੇ ਦੋਵੇਂ ਪ੍ਰੋਜੈਕਟਾਂ ਦੇ ਕੰਮ ਨੂੰ ਜਲਦੀ ਪੂਰਾ ਕਰਨ ‘ਤੇ ਜ਼ੋਰ ਦਿੱਤਾ ਤਾਂ ਜੋ ਇਹ ਜਲਦ ਤੋਂ ਜਲਦ ਚਾਲੂ ਕੀਤੇ ਜਾ ਸਕਣ।

ਆਪਣੇ ਸੰਬੋਧਨ ਵਿੱਚ ਡਾ. ਰਵਜੋਤ ਸਿੰਘ ਨੇ ਅਧਿਕਾਰੀਆਂ ਨੂੰ ਇਮਾਨਦਾਰੀ, ਮਿਹਨਤ ਅਤੇ ਬਿਨ੍ਹਾਂ ਕਿਸੇ ਦਬਾਅ ਦੇ ਕੰਮ ਕਰਨ ਲਈ ਪ੍ਰੇਰਿਤ ਕੀਤਾ ਅਤੇ ਜੇਲ੍ਹਾਂ ਵਿੱਚ ਗੈਰਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਹੋਰ ਮਜ਼ਬੂਤ ਯਤਨ ਕਰਨ ਅਤੇ ਕੈਦੀਆਂ ਦੀ ਸੁਧਾਰ ਅਤੇ ਪੁਨਰਵਾਸ ਪ੍ਰਕਿਰਿਆ ਨੂੰ ਬਿਹਤਰ ਬਣਾਉਣ ‘ਤੇ ਜ਼ੋਰ ਦਿੱਤਾ।

ਤਕਸੀਮਾਂ ਨੂੰ ਲੈ ਕੇ ਮੁੱਖ ਮੰਤਰੀ ਦਾ ਵੱਡਾ ਐਲਾਨ, ਸ਼ੁਰੂ ਹੋਵੇਗੀ ਨਵੀਂ ਸਕੀਮ

ਮੋਗਾ, 4 ਅਪ੍ਰੈਲ :

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਮੋਗਾ ਵਿਚ ਤਕਸੀਮਾ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹੁਣ ਇਕ ਮਹੀਨੇ ਵਿੱਚ ਤਕਸੀਮ ਹੋਇਆ ਕਰੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਤਕਸੀਮਾਂ ਦਾ ਸਭ ਤੋਂ ਵੱਡਾ ਦੁੱਖ ਹੈ। ਤਕਸੀਮ ਕਰਨ ਲਈ ਪਟਵਾਰੀ, ਤਹਿਸੀਲਦਾਰ ਰਾਹ ਹੀ ਨਹੀਂ ਦਿੰਦੇ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਵੀਂ ਸਕੀਮ ਦਾ ਐਲਾਨ ਕੀਤਾ ਗਿਆ, ‘ਮੁੱਖ ਮੰਤਰੀ ਦੀ ਸਕੀਮ 30 ਦਿਨਾਂ ’ਚ ਤਕਸ਼ੀਮ’। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਸਕੀਮ ਵਿਸਾਖੀ ਵਾਲੇ ਦਿਨ ਤੋਂ ਸ਼ੁਰੂ ਹੋ ਜਾਵੇਗੀ। ਜਿੰਨਾਂ ਦੀ ਆਪਸੀ ਸਹਿਮਤੀ ਹੈ ਉਹ ਜਦੋਂ ਮਰਜ਼ੀ ਆ ਕੇ ਤਹਿਸੀਲ ਜਾਂ ਪਟਵਾਰੀ ਨੂੰ ਦਰਖਾਸਤ ਦੇ ਕੇ ਕਰਵਾ ਸਕਦੇ ਹਨ। ਸਹਿਮਤੀ ਵਾਲਿਆਂ ਦੀਆਂ ਤਕਸੀਮਾਂ 13 ਅਪ੍ਰੈਲ ਤੋਂ ਖੋਲ੍ਹ ਦਿੱਤੀਆਂ ਜਾਣਗੀਆਂ, ਜੋ ਇਕ ਮਹੀਨੇ ਵਿੱਚ ਤੁਹਾਨੂੰ ਮਿਲ ਜਾਵੇਗੀ।

ਰਾਘਵ ਚੱਢਾ ਨੂੰ ਲੈ ਕੇ ਬੋਲੇ ਵਿੱਤ ਮੰਤਰੀ ਹਰਪਾਲ ਚੀਮਾ

ਚੰਡੀਗੜ੍ਹ, 4 ਅਪ੍ਰੈਲ :

ਰਾਜ ਸਭਾ ਵਿਚੋਂ ਉਪ ਨੇਤਾ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਰਾਘਵ ਚੱਢਾ ਵੱਲੋਂ ਦਿੱਤੇ ਗਏ ਬਿਆਨ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਆਗੂ ਵੱਲੋਂ ਰਾਘਵ ਚੱਢਾ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਰਾਘਵ ਚੱਢਾ ਨੂੰ ਪੰਜਾਬ ਵਿਚੋਂ ਰਾਜ ਸਭਾ ਵਿਚ ਭੇਜਿਆ ਗਿਆ ਸੀ, ਪਰ ਬੜੇ ਦੁੱਖ ਦੀ ਗੱਲ ਹੈ ਕਿ ਉਸਨੇ ਇਕ ਵੀ ਮੁੱਦਾ ਪੰਜਾਬ ਦਾ ਸੰਸਦ ਵਿਚ ਨਹੀਂ ਚੁੱਕਿਆ। ਕੇਂਦਰ ਵੱਲੋਂ ਰੋਕੇ ਗਏ ਪੰਜਾਬ ਦੇ ਫੰਡ, ਪੰਜਾਬ ’ਚ ਆਏ ਹੜ੍ਹ ਦਾ ਮੁੱਦਾ ਮੋਦੀ ਸਾਹਮਣੇ ਨਹੀਂ ਚੁੱਕ ਸਕੇ।

ਮਹਾਰਾਸ਼ਟਰ ਵਿੱਚ ਕਾਰ ਖੂਹ ’ਚ ਡਿੱਗੀ, ਇੱਕ ਪਰਿਵਾਰ ਦੇ 9 ਮੈਂਬਰਾਂ ਦੀ ਮੌਤ

ਨਾਸਿਕ, 4 ਅਪ੍ਰੈਲ :

ਮਹਾਰਾਸ਼ਟਰ ਵਿਚ ਇੱਕ ਕਾਰ ਦੇ ਖੂਹ ਵਿੱਚ ਡਿੱਗਣ ਕਾਰਨ ਵੱਡਾ ਹਾਦਸਾ ਵਾਪਰਿਆ ਹੈ ਜਿਸ ਵਿਚ ਇਕ ਪਰਿਵਾਰ ਦੇ 9 ਮੈਂਬਰਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿਚ 6 ਬੱਚੇ ਵੀ ਸ਼ਾਮਲ ਹਨ। ਪੁਲਿਸ ਨੇ ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨਾਸਿਕ ਵਿਚ ਸੜਕ ਕਿਨਾਰੇ ਸਥਿਤ ਇਕ ਖੂਹ ਵਿਚ ਮਾਰੂਤੀ XL6 ਕਾਰ ਡਿੱਗ ਗਈ। ਇਸ ਵਿਚ 6 ਬੱਚਿਆਂ ਸਮੇਤ ਨੌ ਲੋਕਾਂ ਦੀ ਮੌਤ ਹੋ ਗਈ। ਪੁਲਿਸ ਅਨੁਸਾਰ ਪੀੜਤ ਲੋਕ ਵਿਆਹ ਸਮਾਗਮ ਵਿੱਚੋਂ ਸ਼ਾਮਲ ਹੋਣ ਤੋਂ ਬਾਅਦ ਘਰ ਵਾਪਸ ਜਾ ਰਹੇ ਸਨ। ਇਸ ਦੌਰਾਨ ਉਨ੍ਹਾਂ ਦੀ ਕਾਰ ਪ੍ਰੋਗਰਾਮ ਵਾਲੀ ਥਾਂ ਦੇ ਨੇੜੇ ਹੀ ਇਕ ਖੂਹ ਵਿਚ ਡਿੱਗ ਗਈ। ਅੱਧੀ ਰਾਤ ਦੇ ਕਰੀਬ ਦੋ ਕਰੇਨਾਂ ਅਤੇ ਤੈਰਾਕਾਂ ਦੀ ਮਦਦ ਨਾਲ ਕਾਰ ਅਤੇ ਉਸ ਵਿਚ ਸਵਾਰ ਲੋਕਾਂ ਨੂੰ ਬਾਹਰ ਕੱਢਿਆ ਗਿਆ। ਮ੍ਰਿਤਕ ਮੱਧ ਪ੍ਰਦੇਸ਼ ਦੇ ਇੰਦੌਰ ਦੇ ਦਰਗੁੜੇ ਦੇ ਰਹਿਣ ਵਾਲੇ ਸਨ।

ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਦਾ ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ, 4 ਅਪ੍ਰੈਲ :

ਪੰਜਾਬ ਸਰਕਾਰ ਵੱਲੋਂ ਔਰਤਾਂ ਨੂੰ ਹਰ ਮਹੀਨੇ ਇਕ ਹਜ਼ਾਰ ਰੁਪਏ ਅਤੇ 1500 ਰੁਪਏ ਦੇਣ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਲਾਗੂ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਹੋ ਗਿਆ।

ਪੰਜਾਬ ਦੀਆਂ ਔਰਤਾਂ ਨੂੰ ਇਸ ਯੋਜਨਾ ਦਾ ਲਾਭ ਮਿਲੇਗਾ। ਜਨਰਲ ਸ਼੍ਰੇਣੀ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ ₹1,000 ਦੀ ਵਿੱਤੀ ਸਹਾਇਤਾ ਮਿਲੇਗੀ, ਜਦੋਂ ਕਿ ਅਨੁਸੂਚਿਤ ਜਾਤੀ SC  ਸ਼੍ਰੇਣੀ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ ₹1,500 ਪ੍ਰਾਪਤ ਹੋਣਗੇ।

ਇਸ ਦਾ ਲਾਭ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਮਿਲੇਗਾ। ਸਿਰਫ਼ ਪੰਜਾਬ ਦੀਆਂ ਔਰਤਾਂ ਨੂੰ ਹੀ ਹਰ ਮਹੀਨੇ 1000 ਤੇ 1500 ਰੁਪਏ ਮਿਲਣਗੇ। ਇਸ ਦਾ ਲਾਭ ਲੈਣ ਲਈ ਅਧਾਰ ਕਾਰਡ ਤੇ ਵੋਟਰ ਕਾਰਡ ਹੋਣਾ ਜ਼ਰੂਰੀ ਹੋਵੇਗਾ।

ਦੱਸ ਦੇਈਏ ਕਿ ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਕੈਬਨਿਟ ਦੀ ਮੀਟਿੰਗ ਵਿੱਚ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਾਗੂ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਸੀ। ਇਸ ਯੋਜਨਾ ਦਾ ਲਾਭ ਪੰਜਾਬ ਦੀਆਂ ਲਗਪਗ 97 % ਔਰਤਾਂ ਨੂੰ ਮਿਲੇਗਾ। ਬਜਟ ਵਿੱਚ ਇਸ ਕੰਮ ਲਈ 9,300 ਕਰੋੜ ਰੁਪਏ ਰੱਖੇ ਗਏ ਨੇ।

ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ’ਚ ਅਪਨਾਉਣ ਦਾ ਸੱਦਾ



ਚੰਡੀਗੜ੍ਹ/ ਜਲੰਧਰ, 4 ਅਪ੍ਰੈਲ :

ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਵੱਲੋਂ ਅੱਜ ਸੰਤ ਨਿਰਮਲ ਦਾਸ ਜੀ ਜੋੜੇ ਵਾਲੇ, ਸੰਤ ਪ੍ਰਗਟ ਨਾਥ ਅਤੇ ਹੋਰ ਸੰਤਾਂ-ਮਹਾਂਪੁਰਖਾਂ ਦੀ ਰਹਿਨੁਮਾਈ ਹੇਠ ਦਮੜੀ ਯਾਤਰਾ ਨੂੰ ਵਿਸ਼ੇਸ਼ ਟ੍ਰੇਨ ਰਾਹੀਂ ਸਥਾਨਕ ਸਿਟੀ ਰੇਲਵੇ ਸਟੇਸ਼ਨ ਤੋਂ ਹਰਿਦੁਆਰ ਲਈ ਰਵਾਨਾ ਕੀਤਾ ਗਿਆ।

 ਇਸ ਮੌਕੇ ਵਿਧਾਇਕ ਚੱਬੇਵਾਲ ਡਾ. ਇਸ਼ਾਂਕ ਕੁਮਾਰ ਅਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤਪਾਲ ਸਿੰਘ ਵੀ ਮੌਜੂਦ ਸਨ।

ਕੈਬਨਿਟ ਮੰਤਰੀ ਨੇ ਸੰਬੋਧਨ ਕਰਦਿਆਂ ਲੋਕਾਂ ਨੂੰ ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਨਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਸਮੁੱਚੀ ਮਨੁੱਖਤਾ ਨੂੰ ਆਪਸੀ ਪ੍ਰੇਮ ਅਤੇ ਭਾਈਚਾਰੇ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀਆਂ ਸਿੱਖਿਆਵਾਂ ਸਮੁੱਚੀ ਲੋਕਾਈ ਦਾ ਹਮੇਸ਼ਾ ਮਾਰਗਦਰਸ਼ਨ ਕਰਦੀਆਂ ਰਹਿਣਗੀਆਂ, ਜੋ ਸਾਨੂੰ ਜਾਤ, ਧਰਮ ਅਤੇ ਨਸਲ ਦੇ ਵਖਰੇਵੇਂ ਤੋਂ ਉੱਪਰ ਉੱਠਣ ਦਾ ਸੰਦੇਸ਼ ਦਿੰਦੀਆਂ ਹਨ।

ਸ਼੍ਰੀ ਭਗਤ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਦਾ ਇਹ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦੁਨੀਆ ਦੇ ਕੋਨੇ-ਕੋਨੇ ਵਿੱਚ ਪਹੁੰਚਾਉਣ ਲਈ ਪੰਜਾਬ ਸਰਕਾਰ ਵੱਲੋਂ ਅਣਥਕ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਵੱਲੋਂ ਗੁਰੂ ਰਵਿਦਾਸ ਜੀ ਦੇ ਆਉਣ ਵਾਲੇ 650ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ’ਤੇ ਮਨਾਉਣ ਲਈ ਵਿਆਪਕ ਪ੍ਰੋਗਰਾਮ ਉਲੀਕੇ ਗਏ ਹਨ।

ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਦਮੜੀ ਯਾਤਰਾ ਲਈ ਸੰਗਤਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਉਹ ਕੌਮਾਂ ਹਮੇਸ਼ਾ ਅੱਗੇ ਵਧਦੀਆਂ ਅਤੇ ਤਰੱਕੀ ਕਰਦੀਆਂ ਹਨ, ਜਿਹੜੀਆਂ ਆਪਣੇ ਗੁਰੂਆਂ-ਪੀਰਾਂ, ਸੰਤਾਂ ਨੂੰ ਯਾਦ ਰੱਖਦੀਆਂ ਹੋਈਆਂ ਉਨ੍ਹਾਂ ਵੱਲੋਂ ਪਾਏ ਪੂਰਨਿਆਂ ‘ਤੇ ਚੱਲਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੀ ਸਾਡੇ ਮਹਾਨ ਗੁਰੂਆਂ ਅਤੇ ਸੰਤਾਂ ਵੱਲੋਂ ਦਰਸਾਏ ਮਾਰਗ ’ਤੇ ਚੱਲਦੇ ਹੋਏ ਹਰ ਵਰਗ ਦੀ ਭਲਾਈ ਅਤੇ ਖੁਸ਼ਹਾਲੀ ਲਈ ਲਗਾਤਾਰ ਕੰਮ ਕਰ ਰਹੀ ਹੈ।

ਇਸ ਮੌਕੇ ਸੰਤ ਸਤਵਿੰਦਰ ਹੀਰਾ, ਭੈਣ ਸੰਤੋਸ਼, ‘ਆਪ’ ਆਗੂ ਰਾਜਵਿੰਦਰ ਕੌਰ ਥਿਆੜਾ, ਦਿਨੇਸ਼ ਢੱਲ ਤੋਂ ਇਲਾਵਾ ਸੰਤ ਸਮਾਜ ਅਤੇ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ : ਅੱਜ ਦਾ ਹੁਕਮਨਾਮਾ

ਮੁੱਖਵਾਕ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ

04-04-2026

ਸਲੋਕ ਮਃ ੩ ॥

ਕਾਮਣਿ ਤਉ ਸੀਗਾਰੁ ਕਰਿ ਜਾ ਪਹਿਲਾਂ ਕੰਤੁ ਮਨਾਇ ॥ ਮਤੁ ਸੇਜੈ ਕੰਤੁ ਨ ਆਵਈ ਏਵੈ ਬਿਰਥਾ ਜਾਇ ॥ ਕਾਮਣਿ ਪਿਰ ਮਨੁ ਮਾਨਿਆ ਤਉ ਬਣਿਆ ਸੀਗਾਰੁ ॥ ਕੀਆ ਤਉ ਪਰਵਾਣੁ ਹੈ ਜਾ ਸਹੁ ਧਰੇ ਪਿਆਰੁ ॥ ਭਉ ਸੀਗਾਰੁ ਤਬੋਲ ਰਸੁ ਭੋਜਨੁ ਭਾਉ ਕਰੇਇ ॥ ਤਨੁ ਮਨੁ ਸਉਪੇ ਕੰਤ ਕਉ ਤਉ ਨਾਨਕ ਭੋਗੁ ਕਰੇਇ ॥੧॥ ਮਃ ੩ ॥ ਕਾਜਲ ਫੂਲ ਤੰਬੋਲ ਰਸੁ ਲੇ ਧਨ ਕੀਆ ਸੀਗਾਰੁ ॥ ਸੇਜੈ ਕੰਤੁ ਨ ਆਇਓ ਏਵੈ ਭਇਆ ਵਿਕਾਰੁ ॥੨॥ ਮਃ ੩ ॥ ਧਨ ਪਿਰੁ ਏਹਿ ਨ ਆਖੀਅਨਿ ਬਹਨਿ ਇਕਠੇ ਹੋਇ ॥ ਏਕ ਜੋਤਿ ਦੁਇ ਮੂਰਤੀ ਧਨ ਪਿਰੁ ਕਹੀਐ ਸੋਇ ॥੩॥ ਪਉੜੀ ॥ ਭੈ ਬਿਨੁ ਭਗਤਿ ਨ ਹੋਵਈ ਨਾਮਿ ਨ ਲਗੈ ਪਿਆਰੁ ॥ ਸਤਿਗੁਰਿ ਮਿਲਿਐ ਭਉ ਊਪਜੈ ਭੈ ਭਾਇ ਰੰਗੁ ਸਵਾਰਿ ॥ ਤਨੁ ਮਨੁ ਰਤਾ ਰੰਗ ਸਿਉ ਹਉਮੈ ਤ੍ਰਿਸਨਾ ਮਾਰਿ ॥ ਮਨੁ ਤਨੁ ਨਿਰਮਲੁ ਅਤਿ ਸੋਹਣਾ ਭੇਟਿਆ ਕ੍ਰਿਸਨ ਮੁਰਾਰਿ ॥ ਭਉ ਭਾਉ ਸਭੁ ਤਿਸ ਦਾ ਸੋ ਸਚੁ ਵਰਤੈ ਸੰਸਾਰਿ ॥੯॥

ਸ਼ਨਿਚਰਵਾਰ, ੨੨ ਚੇਤ (ਸੰਮਤ ੫੫੮ ਨਾਨਕਸ਼ਾਹੀ)

(ਅੰਗ : ੭੮੮)

ਪੰਜਾਬੀ ਵਿਆਖਿਆ

ਹੇ ਇਸਤ੍ਰੀ! ਤਦੋਂ ਸਿੰਗਾਰ ਬਣਾ ਜਦੋਂ ਪਹਿਲਾਂ ਖਸਮ ਨੂੰ ਪ੍ਰਸੰਨ ਕਰ ਲਏਂ, (ਨਹੀਂ ਤਾਂ) ਮਤਾਂ ਖਸਮ ਸੇਜ ਤੇ ਆਵੇ ਹੀ ਨਾਹ ਤੇ ਸਿੰਗਾਰ ਐਵੇਂ ਵਿਅਰਥ ਹੀ ਚਲਾ ਜਾਏ । ਹੇ ਇਸਤ੍ਰੀ! ਜੇ ਖਸਮ ਦਾ ਮਨ ਮੰਨ ਜਾਏ ਤਾਂ ਹੀ ਸਿੰਗਾਰ ਬਣਿਆ ਸਮਝ, ਇਸਤ੍ਰੀ ਦਾ ਸਿੰਗਾਰ ਕੀਤਾ ਹੋਇਆ ਤਾਂ ਹੀ ਕਬੂਲ ਹੈ ਜੇ ਖਸਮ ਉਸ ਨੂੰ ਪਿਆਰ ਕਰੇ । ਹੇ ਨਾਨਕ! ਜੇ ਜੀਵ-ਇਸਤ੍ਰੀ ਪ੍ਰਭੂ ਦੇ ਡਰ (ਵਿਚ ਰਹਿਣ) ਨੂੰ ਸਿੰਗਾਰ ਤੇ ਪਾਨ ਦਾ ਰਸ ਬਣਾਂਦੀ ਹੈ, ਪ੍ਰਭੂ ਦੇ ਪਿਆਰ ਨੂੰ ਭੋਜਨ (ਭਾਵ, ਜ਼ਿੰਦਗੀ ਦਾ ਆਧਾਰ) ਬਣਾਂਦੀ ਹੈ, ਤੇ ਆਪਣਾ ਤਨ ਮਨ ਖਸਮ-ਪ੍ਰਭੂ ਦੇ ਹਵਾਲੇ ਕਰ ਦੇਂਦੀ ਹੈ (ਭਾਵ, ਪੂਰਨ ਤੌਰ ਤੇ ਪ੍ਰਭੂ ਦੀ ਰਜ਼ਾ ਵਿਚ ਤੁਰਦੀ ਹੈ) ਉਸ ਨੂੰ ਖਸਮ-ਪ੍ਰਭੂ ਮਿਲਦਾ ਹੈ ।੧। ਇਸਤ੍ਰੀ ਨੇ ਸੁਰਮਾ, ਫੁੱਲ ਤੇ ਪਾਨਾਂ ਦਾ ਰਸ ਲੈ ਕੇ ਸਿੰਗਾਰ ਕੀਤਾ, (ਪਰ ਜੇ) ਖਸਮ ਸੇਜ ਤੇ ਨਾਹ ਆਇਆ ਤਾਂ ਇਹ ਸਿੰਗਾਰ ਸਗੋਂ ਵਿਕਾਰ ਬਣ ਗਿਆ (ਕਿਉਂਕਿ ਵਿਛੋੜੇ ਦੇ ਕਾਰਣ ਇਹ ਦੁਖਦਾਈ ਹੋ ਗਿਆ) ।੨। ਜੋ (ਸਿਰਫ਼ ਸਰੀਰਕ ਤੌਰ ਤੇ) ਰਲ ਕੇ ਬਹਿਣ ਉਹਨਾਂ ਨੂੰ ਅਸਲ ਇਸਤ੍ਰੀ ਖਸਮ ਨਹੀਂ ਆਖੀਦਾ; ਜਿਨ੍ਹਾਂ ਦੇ ਦੋਹਾਂ ਜਿਸਮਾਂ ਵਿਚ ਇੱਕੋ ਆਤਮਾ ਹੋ ਜਾਏ ਉਹ ਹੈ ਇਸਤ੍ਰੀ ਤੇ ਉਹ ਹੈ ਪਤੀ ।੩। ਪ੍ਰਭੂ ਦੇ ਡਰ (ਵਿਚ ਰਹਿਣ) ਤੋਂ ਬਿਨਾ ਉਸ ਦੀ ਭਗਤੀ ਨਹੀਂ ਹੋ ਸਕਦੀ ਤੇ ਉਸ ਦੇ ਨਾਮ ਵਿਚ ਪਿਆਰ ਨਹੀਂ ਬਣ ਸਕਦਾ (ਭਾਵ, ਉਸ ਦਾ ਨਾਮ ਪਿਆਰਾ ਨਹੀਂ ਲੱਗ ਸਕਦਾ); ਇਹ ਡਰ ਤਾਂ ਹੀ ਪੈਦਾ ਹੁੰਦਾ ਹੈ ਜੇ ਗੁਰੂ ਮਿਲੇ, (ਇਸ ਤਰ੍ਹਾਂ) ਡਰ ਦੀ ਰਾਹੀਂ ਤੇ ਪਿਆਰ ਦੀ ਰਾਹੀਂ (ਭਗਤੀ ਦਾ) ਰੰਗ ਸੋਹਣਾ ਚੜ੍ਹਦਾ ਹੈ । (ਪ੍ਰਭੂ ਦੇ ਡਰ ਤੇ ਪਿਆਰ ਦੀ ਸਹੈਤਾ ਨਾਲ) ਹਉਮੈ ਤੇ ਤਿ੍ਰਸ਼ਨਾ ਨੂੰ ਮਾਰ ਕੇ ਮਨੁੱਖ ਦਾ ਮਨ ਤੇ ਸਰੀਰ (ਪ੍ਰਭੂ ਦੀ ਭਗਤੀ ਦੇ) ਰੰਗ ਨਾਲ ਰੰਗੇ ਜਾਂਦੇ ਹਨ; ਪ੍ਰਭੂ ਨੂੰ ਮਿਲਿਆਂ ਮਨ ਤੇ ਸਰੀਰ ਪਵਿਤ੍ਰ ਤੇ ਸੁੰਦਰ ਹੋ ਜਾਂਦੇ ਹਨ । ਇਹ ਡਰ ਤੇ ਪ੍ਰੇਮ ਸਭ ਕੁਝ ਜਿਸ ਪ੍ਰਭੂ ਦਾ (ਬਖ਼ਸ਼ਿਆ ਮਿਲਦਾ) ਹੈ ਉਹ ਆਪ ਜਗਤ ਵਿਚ (ਹਰ ਥਾਂ) ਮੌਜੂਦ ਹੈ ।੯।

ਅਸ਼ੀਰਵਾਦ ਸਕੀਮ ਤਹਿਤ 2694 ਲਾਭਪਾਤਰੀਆਂ ਲਈ 13.74 ਕਰੋੜ ਜਾਰੀ : ਡਾ. ਬਲਜੀਤ ਕੌਰ

ਚੰਡੀਗੜ੍ਹ, 3 ਅਪ੍ਰੈਲ :

ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਮਾਜ ਦੇ ਪੱਛੜੇ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੀਆਂ ਲੜਕੀਆਂ ਦੇ ਵਿਆਹ ਸਮੇਂ ਪਰਿਵਾਰਾਂ ਨੂੰ ਆਰਥਿਕ ਸਹਾਰਾ ਦੇਣ ਲਈ ਅਸ਼ੀਰਵਾਦ ਸਕੀਮ ਤਹਿਤ ਵਿੱਤੀ ਸਾਲ 2025-26 ਦੌਰਾਨ 2694 ਲਾਭਪਾਤਰੀਆਂ ਨੂੰ 13.74 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਇਹ ਸਹਾਇਤਾ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਲਈ ਧੀਆਂ ਦੇ ਵਿਆਹ ਸਮੇਂ ਵੱਡੀ ਰਾਹਤ ਸਾਬਤ ਹੋ ਰਹੀ ਹੈ ਅਤੇ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਕੋਈ ਵੀ ਯੋਗ ਪਰਿਵਾਰ ਇਸ ਸਹੂਲਤ ਤੋਂ ਵਾਂਝਾ ਨਾ ਰਹੇ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਜ਼ਿਲ੍ਹਾ ਬਰਨਾਲਾ, ਬਠਿੰਡਾ, ਫਰੀਦਕੋਟ, ਫਿਰੋਜ਼ਪੁਰ, ਸ੍ਰੀ ਫਤਹਿਗੜ੍ਹ ਸਾਹਿਬ, ਗੁਰਦਾਸਪੁਰ, ਹੁਸ਼ਿਆਰਪੁਰ, ਲੁਧਿਆਣਾ, ਮਾਨਸਾ, ਮੋਗਾ, ਪਟਿਆਲਾ, ਪਠਾਨਕੋਟ, ਰੂਪਨਗਰ, ਐਸ.ਏ.ਐਸ. ਨਗਰ, ਐਸ.ਬੀ.ਐਸ. ਨਗਰ, ਸੰਗਰੂਰ, ਮਾਲੇਰਕੋਟਲਾ ਅਤੇ ਤਰਨਤਾਰਨ ਜ਼ਿਲ੍ਹਿਆਂ ਦੇ ਲਾਭਪਾਤਰੀਆਂ ਨੂੰ ਇਹ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਗਈ ਹੈ।

ਸਮਾਜਿਕ ਨਿਆਂ ਮੰਤਰੀ ਨੇ ਦੱਸਿਆ ਕਿ ਇਸ ਰਾਸ਼ੀ ਨਾਲ ਜ਼ਿਲ੍ਹਾ ਬਰਨਾਲਾ ਦੇ 70, ਬਠਿੰਡਾ ਦੇ 253, ਫਰੀਦਕੋਟ ਦੇ 13, ਫਿਰੋਜ਼ਪੁਰ ਦੇ 38, ਸ੍ਰੀ ਫਤਹਿਗੜ੍ਹ ਸਾਹਿਬ ਦੇ 72, ਗੁਰਦਾਸਪੁਰ ਦੇ 211, ਹੁਸ਼ਿਆਰਪੁਰ ਦੇ 267, ਲੁਧਿਆਣਾ ਦੇ 134 ਅਤੇ ਮਾਨਸਾ ਦੇ 275 ਲਾਭਪਾਤਰੀਆਂ ਨੂੰ ਵਿੱਤੀ ਲਾਭ ਦਿੱਤਾ ਗਿਆ ਹੈ। ਇਸੇ ਤਰ੍ਹਾਂ ਜ਼ਿਲ੍ਹਾ ਮੋਗਾ ਦੇ 43, ਪਟਿਆਲਾ ਦੇ 129, ਪਠਾਨਕੋਟ ਦੇ 212, ਰੂਪਨਗਰ ਦੇ 336, ਐਸ.ਏ.ਐਸ. ਨਗਰ ਦੇ 163, ਐਸ.ਬੀ.ਐਸ. ਨਗਰ ਦੇ 29, ਸੰਗਰੂਰ ਦੇ 79, ਮਾਲੇਰਕੋਟਲਾ ਦੇ 171 ਅਤੇ ਤਰਨਤਾਰਨ ਦੇ 199 ਲਾਭਪਾਤਰੀਆਂ ਨੂੰ ਵੀ ਲਾਭ ਦਿੱਤਾ ਗਿਆ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਘੱਟ ਆਮਦਨ ਵਾਲੇ ਪਰਿਵਾਰਾਂ ਨਾਲ ਸਬੰਧਤ ਲੜਕੀਆਂ ਦੇ ਵਿਆਹ ਲਈ 51,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ, ਜਿਸ ਨਾਲ ਪਰਿਵਾਰਾਂ ਨੂੰ ਵੱਡੀ ਆਰਥਿਕ ਮਦਦ ਮਿਲਦੀ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ ਅਤੇ ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ। ਉਨ੍ਹਾਂ ਦੱਸਿਆ ਕਿ ਪਰਿਵਾਰ ਦੀ ਸਾਲਾਨਾ ਆਮਦਨ 32,790 ਰੁਪਏ ਤੋਂ ਘੱਟ ਹੋਣ ਦੀ ਸਥਿਤੀ ਵਿੱਚ ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹੁੰਦੀਆਂ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਡੀ.ਬੀ.ਟੀ. ਰਾਹੀਂ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ, ਜਿਸ ਨਾਲ ਪਾਰਦਰਸ਼ਤਾ ਅਤੇ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ ਜਾਂਦੀ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਖਾਸ ਕਰਕੇ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ।

ਭਗਵੰਤ ਮਾਨ ਸਰਕਾਰ ਨੇ ਰਿਕਾਰਡ ਕਾਇਮ ਕੀਤਾ, ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਿਰਫ਼ 4 ਸਾਲਾਂ ‘ਚ 65,264 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ

ਚੰਡੀਗੜ੍ਹ, 3 ਅਪ੍ਰੈਲ 2026:

ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ‘ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ’ ਲੜੀ ਦੇ ਹਿੱਸੇ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੁੱਖ ਖੇਤਰਾਂ ਵਿੱਚ ਆਪ ਸਰਕਾਰ ਦੀ ਕਾਰਗੁਜ਼ਾਰੀ ‘ਤੇ ਚਾਨਣਾ ਪਾਉਂਦਾ ਆਪਣੀ ਸਰਕਾਰ ਦਾ ਰਿਪੋਰਟ ਕਾਰਡ ਪੇਸ਼ ਕਰਦਿਆਂ ਇਸ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਕੇਂਦ੍ਰਿਤ ਸ਼ਾਸਨ ਵੱਲ ਇੱਕ ਨਿਰਣਾਇਕ ਤਬਦੀਲੀ ਵਜੋਂ ਦਰਸਾਇਆ। ਸਰਕਾਰੀ ਖੇਤਰ ‘ਚ ਰੋਜ਼ਗਾਰ ਅਤੇ ਸ਼ਾਸਨ ਵਿੱਚ ਇੱਕ ਨਵਾਂ ਮਾਪਦੰਡ ਸਥਾਪਤ ਕਰਦਿਆਂ ਭਗਵੰਤ ਮਾਨ ਸਰਕਾਰ ਨੇ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਦੀ ਭਰਪਾਈ ਕਰਦਿਆਂ ਨੌਜਵਾਨਾਂ ਨੂੰ ਉਮਰ ਹੱਦ ਵਿੱਚ 5 ਸਾਲ ਦੀ ਛੋਟ ਦਿੰਦਿਆਂ ਸਿਰਫ਼ ਚਾਰ ਸਾਲਾਂ ਵਿੱਚ ਰਿਕਾਰਡ 65,264 ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ, ਜੋ ਕਿ ਪੰਜਾਬ ਦੇ ਇਤਿਹਾਸ ਵਿੱਚ ਦਿੱਤੀਆਂ ਗਈਆਂ ਹੁਣ ਤੱਕ ਦੀਆਂ ਸਭ ਤੋਂ ਵੱਧ ਨੌਕਰੀਆਂ ਹਨ।

ਸਿੱਖਿਆ, ਪੁਲਿਸ, ਬਿਜਲੀ, ਸਿਹਤ ਅਤੇ ਸਥਾਨਕ ਸੰਸਥਾਵਾਂ ਸਮੇਤ ਪ੍ਰਮੁੱਖ ਖੇਤਰਾਂ ਵਿੱਚ ਪਾਰਦਰਸ਼ੀ ਭਰਤੀ ਦੇ ਨਾਲ ਭਗਵੰਤ ਮਾਨ ਸਰਕਾਰ ਨੇ ਖੁਦ ਨੂੰ ਪੱਖਪਾਤ ਦੀਆਂ ਪੁਰਾਣੀਆਂ ਪ੍ਰਥਾਵਾਂ ਤੋਂ ਪੂਰੀ ਤਰ੍ਹਾਂ ਦੂਰ ਰੱਖਿਆ ਹੈ ਅਤੇ ਹੁਣ ਆਮ ਨਾਗਰਿਕਾਂ ਨੂੰ ਰਿਸ਼ਵਤ ਜਾਂ ਸਿਫ਼ਾਰਸ਼ਾਂ ਤੋਂ ਬਿਨਾਂ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਸੇਵਾ ਕੇਂਦਰਾਂ ‘ਤੇ ਮਹੀਨਾ ਆਧਾਰ ‘ਤੇ 30 ਲੱਖ ਨਾਗਰਿਕਾਂ ਦੀ ਪਹੁੰਚ ਅਤੇ 8.20 ਕਰੋੜ ਤੋਂ ਵੱਧ ਸੇਵਾਵਾਂ ਦੀ ਡਲਿਵਰੀ ਦੇ ਨਾਲ ਡਿਜੀਟਲ ਪੰਜਾਬ ਵੱਲ ਤੇਜ਼ੀ ਨਾਲ ਕਦਮ ਵਧਾਉਣ ਪਾਰਦਰਸ਼ੀ ਪ੍ਰਸ਼ਾਸਨ, ਹੁਨਰ ਵਿਕਾਸ ਅਤੇ ਪ੍ਰਣਾਲੀਗਤ ਸੁਧਾਰਾਂ ਵੱਲ ਵਿਆਪਕ ਸੁਧਾਰਾਂ ਨੂੰ ਦਰਸਾਉਂਦਾ ਹੈ, ਜਿਸਦਾ ਉਦੇਸ਼ ਪੰਜਾਬ ਦੇ ਭਵਿੱਖ ਨੂੰ ਨਵੀਂ ਦਿਸ਼ਾ ਦੇਣਾ ਹੈ।

ਵੱਖ-ਵੱਖ ਵਿਭਾਗਾਂ ਦੇ ਰਿਪੋਰਟ ਕਾਰਡ ਪੇਸ਼ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਇੱਕ ਨਵੇਂ ਡਿਜੀਟਲ ਹੱਬ ਵਜੋਂ ਉਭਰ ਰਿਹਾ ਹੈ, ਜਿਸ ਨੇ ਆਪਣੇ ਕੰਮਕਾਜ ਵਿੱਚ ਪਾਰਦਰਸ਼ਤਾ ਲਿਆਉਂਦਿਆਂ ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਅਤੇ ਮੌਕਿਆਂ ਦੇ ਨਵੇਂ ਰਾਹ ਖੋਲ੍ਹੇ ਹਨ।

ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਚਾਰ ਸਾਲਾਂ ਵਿੱਚ 65,264 ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵਿੱਚ 16,308 ਨੌਕਰੀਆਂ, ਪੰਜਾਬ ਪੁਲਿਸ ਵਿੱਚ 12,966 ਨੌਕਰੀਆਂ, ਬਿਜਲੀ ਵਿਭਾਗ ਵਿੱਚ 8,765 ਨੌਕਰੀਆਂ, ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਵਿੱਚ 16,320 ਅਤੇ ਸਥਾਨਕ ਸਰਕਾਰਾਂ ਵਿਭਾਗ ਵਿੱਚ 5771 ਲੋਕਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਨਾਲ ਸੂਬੋਂ ‘ਚੋਂ ਵਿਦੇਸ਼ਾਂ ਵੱਲ ਨੌਜਵਾਨਾਂ ਦੀ ਹਿਜਰਤ ਦੇ ਰੁਝਨ ਨੂੰ ਠੱਲ੍ਹ ਪਈ ਹੈ ਅਤੇ ਪੰਜਾਬ ਦੇ ਹਰ ਪਿੰਡ, ਕਸਬੇ ਅਤੇ ਸ਼ਹਿਰ ਦੇ ਨੌਜਵਾਨਾਂ ਨੂੰ ਇਨ੍ਹਾਂ ਨੌਕਰੀਆਂ ਦਾ ਲਾਭ ਹੋਇਆ ਹੈ।

ਭਰਤੀ ਵਿੱਚ ਪਾਰਦਰਸ਼ਤਾ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਰੀਆਂ ਨੌਕਰੀਆਂ ਬਿਨਾਂ ਕਿਸੇ ਰਿਸ਼ਵਤ ਜਾਂ ਪੱਖਪਾਤ ਦੇ ਨਿਰੋਲ ਮੈਰਿਟ ਅਤੇ ਯੋਗਤਾ ਦੇ ਆਧਾਰ ‘ਤੇ ਦਿੱਤੀਆਂ ਗਈਆਂ ਹਨ। ਕੋਈ ਪੇਪਰ ਲੀਕ ਨਹੀਂ ਹੋਇਆ ਅਤੇ ਨਾ ਹੀ ਕਿਸੇ ਭਰਤੀ ਨੂੰ ਅਦਾਲਤ ਵਿੱਚ ਚੁਣੌਤੀ ਦਿੱਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਕਈ ਉਮੀਦਵਾਰਾਂ ਨੂੰ ਤਾਂ ਵੱਖ-ਵੱਖ ਵਿਭਾਗਾਂ ਵਿੱਚ ਕਈ-ਕਈ ਵਾਰ ਨੌਕਰੀਆਂ ਵੀ ਮਿਲੀਆਂ ਹਨ ਅਤੇ ਇਨ੍ਹਾਂ ਵਿੱਚੋਂ ਬਹੁਤੇ ਨੌਜਵਾਨ ਇਹ ਨੌਕਰੀਆਂ ਲੈਣ ਲਈ ਵਿਦੇਸ਼ਾਂ ਤੋਂ ਪਰਤ ਕੇ ਵਾਪਸ ਆਏ ਹਨ।

ਉਨ੍ਹਾਂ ਕਿਹਾ ਕਿ ਪਹਿਲਾਂ ਅਦਾਲਤਾਂ ਵਿੱਚ ਚੁਣੌਤੀ ਦੇ ਚਲਦਿਆਂ ਭਰਤੀ ਪ੍ਰਕਿਰਿਆਵਾਂ ਵਿੱਚ ਦੇਰੀ ਹੋਣ ਆਮ ਗੱਲ ਸੀ, ਜਿਸ ਦੇ ਚਲਦਿਆਂ ਅਕਸਰ ਕਈ ਉਮੀਦਵਾਰ ਦੀ ਉਮਰ ਨਿਰਧਾਰਤ ਸੀਮਾ ਤੋਂ ਪਾਰ ਲੰਘ ਜਾਂਦੀ ਸੀ। ਉਨ੍ਹਾਂ ਕਿਹਾ ਕਿ ਹੁਣ ਨੌਜਵਾਨ ਆਈਲੈਟਸ ਸੈਂਟਰਾਂ ਵਿੱਚ ਜਾਣ ਦੀ ਬਜਾਏ ਸਰਕਾਰੀ ਨੌਕਰੀਆਂ ਲਈ ਤਿਆਰੀ ਕਰਨ ਨੂੰ ਤਰਜੀਹ ਦੇ ਰਹੇ ਹਨ।

ਮੌਜੂਦਾ ਗਵਰਨੈਂਸ ਮਾਡਲ ਦੀ ਪਿਛਲੀਆਂ ਸਰਕਾਰਾਂ ਨਾਲ ਤੁਲਨਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਆਮ ਲੋਕਾਂ ਦੀ ਬਜਾਏ ਆਪਣੇ ਹੀ ਪਰਿਵਾਰਾਂ ਦਾ ਪੱਖ ਪੂਰਿਆ ਪਰ ਸੂਬਾ ਸਰਕਾਰ ਨੇ ਸਭ ਦੀ ਭਲਾਈ ਲਈ ਕੰਮ ਕੀਤਾ ਹੈ ਜਿਸ ਦੇ ਚਲਦਿਆਂ ਪ੍ਰਾਈਵੇਟ ਕੰਪਨੀਆਂ ਵਿੱਚ ਵੀ ਸੱਤ ਲੱਖ ਦੇ ਕਰੀਬ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ।

ਉਨ੍ਹਾਂ ਅੱਗੇ ਕਿਹਾ ਕਿ ਹੁਨਰ ਵਿਕਾਸ ਮਿਸ਼ਨ ਸ਼ੁਰੂ ਕੀਤਾ ਗਿਆ ਹੈ, ਜਿਸ ਤਹਿਤ ਅੰਮ੍ਰਿਤਸਰ, ਬਠਿੰਡਾ, ਹੁਸ਼ਿਆਰਪੁਰ, ਜਲੰਧਰ ਅਤੇ ਲੁਧਿਆਣਾ ਵਿੱਚ ਪੰਜ ਬਹੁ-ਹੁਨਰ ਵਿਕਾਸ ਕੇਂਦਰ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਕੇਂਦਰਾਂ ਵਿੱਚ ਹੁਣ ਤੱਕ 1.25 ਲੱਖ ਨੌਜਵਾਨਾਂ ਨੂੰ ਸਿਖਲਾਈ ਦਿੱਤੀ ਗਈ ਹੈ, ਜਿਨ੍ਹਾਂ ਵਿੱਚੋਂ 73,250 ਨੂੰ ਰੋਜ਼ਗਾਰ ਵੀ ਮਿਲ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਮਾਈਕਰੋਸਾਫਟ ਅਤੇ ਆਈਬੀਐਮ ਵਰਗੀਆਂ ਕੰਪਨੀਆਂ ਨਾਲ ਏਆਈ, ਸਾਈਬਰ ਸੁਰੱਖਿਆ ਅਤੇ ਕਲਾਉਡ ਤਕਨਾਲੋਜੀ ਵਿੱਚ ਸਿਖਲਾਈ ਲਈ ਐਮ.ਓ.ਯੂ. ਸਾਈਨ ਕੀਤੇ ਗਏ ਹਨ।

ਰੋਜ਼ਗਾਰ ਪਹਿਲਕਦਮੀਆਂ ਦਾ ਵੇਰਵਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 1,799 ਸਵੈ-ਰੁਜ਼ਗਾਰ ਕੈਂਪਾਂ ਨੇ 1,99,000 ਨੌਜਵਾਨਾਂ ਨੂੰ ਕਾਰੋਬਾਰ ਸ਼ੁਰੂ ਕਰਨ ਲਈ ਕਰਜ਼ੇ ਹਾਸਲ ਕਰਨ ਵਿੱਚ ਮਦਦ ਕੀਤੀ ਅਤੇ 6,724 ਪਲੇਸਮੈਂਟ ਕੈਂਪਾਂ ਅਤੇ ਨੌਕਰੀ ਮੇਲਿਆਂ ਨੇ ਲੱਖਾਂ ਨੌਜਵਾਨਾਂ ਨੂੰ ਰੋਜ਼ਗਾਰ ਹਾਸਲ ਕਰਨ ਵਿੱਚ ਮਦਦ ਕੀਤੀ।

ਉਨ੍ਹਾਂ ਅੱਗੇ ਕਿਹਾ ਕਿ 11 ਸਿਖਲਾਈ ਕੇਂਦਰਾਂ ਦਾ ਆਧੁਨਿਕੀਕਰਨ ਕਰਨ ਦੇ ਨਾਲ-ਨਾਲ ਤਿੰਨ ਨਵੇਂ ਕੈਂਪ ਸਥਾਪਿਤ ਕੀਤੇ ਗਏ ਹ ਅਤੇ ਅੱਗੇ ਕਿਹਾ ਕਿ 36,342 ਨੌਜਵਾਨਾਂ ਨੂੰ ਫੌਜ, ਜਲ ਸੈਨਾ, ਹਵਾਈ ਸੈਨਾ ਅਤੇ ਅਰਧ ਸੈਨਿਕ ਬਲਾਂ ਵਿੱਚ ਭਰਤੀ ਲਈ ਸਿਖਲਾਈ ਦਿੱਤੀ ਗਈ ਹੈ, ਜਿਨ੍ਹਾਂ ਵਿੱਚੋਂ 5,509 ਭਰਤੀ ਹੋ ਚੁੱਕੇ ਹਨ।

ਰੱਖਿਆ ਸਿਖਲਾਈ ਸੰਸਥਾਵਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਨੇ 218 ਲੜਕਿਆਂ ਨੂੰ ਸਿਖਲਾਈ ਦਿੱਤੀ ਹੈ, ਜਿਨ੍ਹਾਂ ਵਿੱਚੋਂ 106 ਐੱਨਡੀਏ ਅਤੇ ਹੋਰ ਅਕੈਡਮੀਆਂ ਲਈ ਚੁਣੇ ਗਏ ਅਤੇ 85 ਕਮਿਸ਼ਨਡ ਅਫਸਰ ਬਣ ਗਏ ਹਨ, ਜਦੋਂ ਕਿ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਨੇ 199 ਲੜਕੀਆਂ ਨੂੰ ਸਿਖਲਾਈ ਦਿੱਤੀ ਹੈ, ਜਿਨ੍ਹਾਂ ਵਿੱਚੋਂ 24 ਕਮਿਸ਼ਨਡ ਅਫਸਰ ਬਣ ਗਈਆਂ ਹਨ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਵਿੱਚ ਜਲਦੀ ਹੀ ਇੱਕ ਨਵਾਂ ਇੰਸਟੀਚਿਊਟ ਸ਼ੁਰੂ ਕੀਤਾ ਜਾਵੇਗਾ।

ਡਿਜੀਟਲ ਗਵਰਨੈਂਸ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਡਿਜੀਟਲ ਪੰਜਾਬ ਬਣਨ ਵੱਲ ਕਦਮ ਵਧਾ ਰਿਹਾ ਹੈ ਕਿਉਂਕਿ 544 ਸੇਵਾ ਕੇਂਦਰ 465 ਤੋਂ ਵੱਧ ਸੇਵਾਵਾਂ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਲਗਭਗ 30 ਲੱਖ ਲੋਕ ਇਨ੍ਹਾਂ ਕੇਂਦਰਾਂ ਤੋਂ ਹਰ ਮਹੀਨੇ ਸੇਵਾਵਾਂ ਲੈ ਰਹੇ ਹਨ, ਭਾਵ ਰੋਜ਼ਾਨਾ ਇੱਕ ਲੱਖ ਲੋਕ ਸੇਵਾਵਾਂ ਦਾ ਲਾਭ ਪ੍ਰਾਪਤ ਕਰ ਰਹੇ ਹਨ ਅਤੇ ਹੁਣ ਤੱਕ 8,20 ਕਰੋੜ ਡਿਜੀਟਲ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਚੁੱਕੀਆਂ ਹਨ।

ਉਨ੍ਹਾਂ ਅੱਗੇ ਕਿਹਾ ਕਿ ਜਨਮ, ਮੌਤ ਅਤੇ ਵਿਆਹ ਵਰਗੇ ਸਰਟੀਫਿਕੇਟ ਐਸਐਮਐਸ ਅਤੇ ਵਟਸਐਪ ਰਾਹੀਂ ਭੇਜੇ ਜਾ ਰਹੇ ਹਨ ਅਤੇ ਇੱਕ ਕਰੋੜ ਤੋਂ ਵੱਧ ਸਰਟੀਫਿਕੇਟ ਡਿਜੀਟਲ ਰੂਪ ਵਿੱਚ ਭੇਜੇ ਗਏ ਹਨ। ਉਨ੍ਹਾਂ ਕਿਹਾ ਕਿ ਕਿ ਸੇਵਾਵਾਂ ਦੀ ਬਕਾਇਆ ਦਰ ਵਿੱਚ ਭਾਰੀ ਕਮੀ ਆਈ ਹੈ, ਜੋ 14 ਫੀਸਦ ਤੋਂ ਘਟ ਕੇ ਸਿਰਫ 0.52 ਫੀਸਦ ਰਹਿ ਗਈ ਹੈ।”

ਨਾਗਰਿਕ-ਕੇਂਦ੍ਰਿਤ ਪਹਿਲਕਦਮੀਆਂ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ ਸਕੀਮ ਦਸੰਬਰ 2023 ਵਿੱਚ ਲੁਧਿਆਣਾ ਤੋਂ ਸ਼ੁਰੂ ਕੀਤੀ ਗਈ ਸੀ, ਜਿਸ ਤਹਿਤ ਨਾਗਰਿਕ 1076 ਹੈਲਪਲਾਈਨ ਰਾਹੀਂ ਘਰ ਬੈਠੇ 437 ਸੇਵਾਵਾਂ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਸਕੀਮ ਖਾਸ ਤੌਰ ‘ਤੇ ਬਜ਼ੁਰਗਾਂ ਅਤੇ ਦਫ਼ਤਰਾਂ ‘ਚ ਜਾ ਕੇ ਆਪਣਾ ਕੰਮ ਕਰਵਾਉਣ ਤੋਂ ਅਸਮਰੱਥ ਲੋਕਾਂ ਲਈ ਵਧੇਰੇ ਮਦਦਗਾਰ ਸਾਬਤ ਹੋ ਰਹੀ ਹੈ ਅਤੇ ਹੁਣ ਤੱਕ 2.66 ਲੱਖ ਲੋਕ ਇਸ ਦਾ ਲਾਭ ਲੈ ਚੁੱਕੇ ਹਨ।

ਆਫ਼ਤ ਰਾਹਤ ਸੁਧਾਰਾਂ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਡਿਜੀਟਲ ਹੜ੍ਹ ਮੁਆਵਜ਼ਾ ਪ੍ਰਣਾਲੀ ਪੇਸ਼ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ 3,700 ਪਿੰਡਾਂ ਵਿੱਚ ਡਿਜੀਟਲ ਢੰਗ ਨਾਲ ਮੁਆਵਜ਼ੇ ਦੀ ਵੰਡ ਕੀਤੀ ਗਈ ਹੈ, ਜਿਸਨੇ ਪੂਰੀ ਪਾਰਦਰਸ਼ਤਾ ਨਾਲ ਸਹੀ ਲੋਕਾਂ ਤੱਕ ਰਾਹਤ ਪਹੁੰਚਣ ਨੂੰ ਯਕੀਨੀ ਬਣਾਇਆ ਹੈ।

ਜ਼ਮੀਨੀ ਸੁਧਾਰਾਂ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਈਜ਼ੀ ਰਜਿਸਟਰੀ ਨੇ ਤਹਿਸੀਲ ਦਫ਼ਤਰਾਂ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰ ਦਿੱਤਾ ਹੈ ਅਤੇ ਜੁਲਾਈ 2025 ਤੋਂ ਹੁਣ ਤੱਕ ਛੇ ਲੱਖ ਤੋਂ ਵੱਧ ਦਸਤਾਵੇਜ਼ ਰਜਿਸਟਰ ਕੀਤੇ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਵਿਚੋਲਾ ਪ੍ਰਣਾਲੀ ਨੂੰ ਖ਼ਤਮ ਦਿੱਤਾ ਗਿਆ ਹੈ ਅਤੇ ਰਜਿਸਟਰੇਸ਼ਨ ਹੁਣ ਇੱਕ ਕਲਿੱਕ ਨਾਲ ਆਨਲਾਈਨ ਕਰਵਾਈ ਜਾ ਸਕਦੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਸਬ-ਰਜਿਸਟਰਾਰ 48 ਘੰਟਿਆਂ ਦੇ ਅੰਦਰ-ਅੰਦਰ ਇਤਰਾਜ਼ ਉਠਾ ਸਕਦੇ ਹਨ ਅਤੇ ਉੱਚ ਅਧਿਕਾਰੀ ਇਸਦੀ ਸਮੀਖਿਆ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਲੋਕ ਜ਼ਿਲ੍ਹੇ ਦੇ ਕਿਸੇ ਵੀ ਸਬ-ਰਜਿਸਟਰਾਰ ਦਫ਼ਤਰ ਤੋਂ ਆਪਣੀ ਜਾਇਦਾਦ ਰਜਿਸਟਰ ਕਰਵਾ ਸਕਦੇ ਹਨ ਅਤੇ ਵਟਸਐਪ ਰਾਹੀਂ ਰੀਅਲ-ਟਾਈਮ ਅਪਡੇਟਸ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਰਿਸ਼ਵਤਖੋਰੀ ਲਈ ਸ਼ਿਕਾਇਤ ਦਰਜ ਕਰਵਾਉਣ ਦੀ ਆਪਸ਼ਨ ਅਤੇ ‘ਡਰਾਫਟ ਮਾਈ ਡੀਡ’ ਵਿਸ਼ੇਸ਼ਤਾ ਵੀ ਪ੍ਰਦਾਨ ਕੀਤੀ ਗਈ ਹੈ।

ਟਰਾਂਸਪੋਰਟ ਸੁਧਾਰਾਂ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਫੇਸਲੈੱਸ ਆਰਟੀਓ ਸੇਵਾਵਾਂ ਪੇਸ਼ ਕੀਤੀਆਂ ਗਈਆਂ ਹਨ, ਜੋ ਇੱਕ ਵੱਡੀ ਡਿਜੀਟਲ ਤਬਦੀਲੀ ਨੂੰ ਦਰਸਾਉਂਦੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਹੁਣ ਆਰਟੀਓ ਦਫ਼ਤਰਾਂ ਵਿੱਚ ਜਾਣ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਲਾਇਸੈਂਸ ਅਤੇ ਆਰਸੀ ਸਮੇਤ 56 ਸੇਵਾਵਾਂ ਪੂਰੀ ਤਰ੍ਹਾਂ ਨਾਲ ਫੇਸਲੈੱਸ ਕਰ ਦਿੱਤੀਆਂ ਗਈਆਂ ਹਨ, ਜੋ ਹੈਲਪਲਾਈਨ 1076 ਅਤੇ ਸੇਵਾ ਕੇਂਦਰਾਂ ਰਾਹੀਂ ਉਪਲਬਧ ਹਨ, ਜਿਸ ਨਾਲ ਹੁਣ ਤੱਕ 25,236 ਲੋਕਾਂ ਨੂੰ ਲਾਭ ਮਿਲਿਆ ਹੈ।

ਸਰਕਾਰ ਦੇ ਭ੍ਰਿਸ਼ਟਾਚਾਰ ਵਿਰੋਧੀ ਰੁਖ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਾਜ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਕਤਈ ਨਾ ਬਰਦਾਸ਼ਤ ਯੋਗ ਨੀਤੀ ਅਪਣਾਈ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ 23 ਮਾਰਚ, 2022 ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵੀ ਸ਼ੁਰੂ ਕੀਤੀ ਗਈ ਸੀ।

ਉਨ੍ਹਾਂ ਅੱਗੇ ਕਿਹਾ ਕਿ ਇਸ ਹੈਲਪਲਾਈਨ ‘ਤੇ 12,218 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿੱਚੋਂ 10,820 ਸਬੰਧਤ ਵਿਭਾਗਾਂ ਨੂੰ ਅਤੇ 1,398 ਵਿਜੀਲੈਂਸ ਬਿਊਰੋ ਨੂੰ ਭੇਜੀਆਂ ਗਈਆਂ। ਉਨ੍ਹਾਂ ਅੱਗੇ ਕਿਹਾ ਕਿ ਸਹੀ ਮਾਮਲਿਆਂ ਵਿੱਚ ਕਾਰਵਾਈ ਕਰਦਿਆਂ 275 ਐਫਆਈਆਰ ਦਰਜ ਕੀਤੀਆਂ ਗਈਆਂ ਹਨ ਅਤੇ 341 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿੱਚ 16 ਗਜ਼ਟਿਡ ਅਧਿਕਾਰੀ, 161 ਸਰਕਾਰੀ ਕਰਮਚਾਰੀ, 88 ਪੁਲਿਸ ਕਰਮਚਾਰੀ ਅਤੇ 77 ਆਮ ਵਿਅਕਤੀ ਸ਼ਾਮਲ ਹਨ। ਉਨ੍ਹਾਂ ਅੱਗੇ ਕਿਹਾ ਕਿ ਵਿਜੀਲੈਂਸ ਬਿਊਰੋ ਨੇ 487 ਛਾਪੇਮਾਰੀਆਂ ਕਰਦਿਆਂ 1,215 ਮੁਲਜ਼ਮਾਂ ਵਿਰੁੱਧ 534 ਕੇਸ ਦਰਜ ਕੀਤੇ ਹਨ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ 112 ਗਜ਼ਟਿਡ ਅਫ਼ਸਰਾਂ, 162 ਸਰਕਾਰੀ ਮੁਲਾਜ਼ਮਾਂ ਅਤੇ 83 ਨਿੱਜੀ ਵਿਅਕਤੀਆਂ ਸਮੇਤ 357 ਵਿਅਕਤੀਆਂ ਖ਼ਿਲਾਫ਼ ਜਾਂਚ ਚੱਲ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ 143 ਕੇਸਾਂ ਵਿੱਚ ਦੋਸ਼ੀਆਂ ਨੂੰ ਸਜ਼ਾ ਸੁਣਾਈ ਗਈ ਹੈ ਅਤੇ ਕਈ ਮੁਲਾਜ਼ਮਾਂ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਸਿਰਫ ਚਾਰ ਸਾਲਾਂ ਦਾ ਰਿਪੋਰਟ ਕਾਰਡ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਅਜਿਹੇ ਲੋਕ ਭਲਾਈ ਉਪਰਾਲੇ ਜਾਰੀ ਰਹਿਣਗੇ।

ਇੱਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਦੇ ਹਾਲਾਤ ਇਸ ਹੱਦ ਤੱਕ ਅਜੀਬੋ-ਗਰੀਬ ਬਣ ਗਏ ਹਨ ਅਤੇ ਦੇਸ਼ ਵਿੱਚ ਜੋ ਵੀ ਮਾੜਾ ਹੋਇਆ ਹੈ, ਉਸ ਲਈ ਨਹਿਰੂ ਨੂੰ, ਦਿੱਲੀ ਲਈ ਅਰਵਿੰਦ ਕੇਜਰੀਵਾਲ ਨੂੰ ਅਤੇ ਪੰਜਾਬ ਅਤੇ ਚੰਡੀਗੜ੍ਹ ਲਈ ਮੈਨੂੰ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਭਾਜਪਾ ਸਭ ਕੁਝ ਸਿਆਸੀ ਵਿਰੋਧੀਆਂ ਦੇ ਨਾਮ ‘ਤੇ ਥੋਪ ਕੇ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੀ ਹੈ, ਜਦੋਂ ਕਿ 15 ਲੱਖ ਰੁਪਏ ਦੇ ਵਾਅਦੇ ਤੋਂ ਲੈ ਕੇ ਐਮ.ਐਸ.ਪੀ. ਤੱਕ ਕੁਝ ਵੀ ਨਹੀਂ ਦਿੱਤਾ ਗਿਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਭਾਜਪਾ ਸ਼ਬਦਾਂ ਦੀ ਖੇਡ ਅਤੇ ਕਠਪੁਤਲੀਆਂ ਦੀ ਤਰ੍ਹਾਂ ਵਿਰੋਧੀਆਂ ਨੂੰ ਨਿਸ਼ਾਨਾ ਬਣਾਉਣ ਬਣਾ ਕੇ ਆਪਣੀ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੀ।
ਕਿਸਾਨ ਭਲਾਈ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੀ ਜ਼ਮੀਨਾਂ ਹੇਠ ਦੀ ਹਾਈ ਟੈਂਸ਼ਨ ਤਾਰਾਂ ਪਾਉਣ ਦੀ ਸੰਭਾਵਨਾ ਦੀ ਪੜਚੋਲ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਪ੍ਰਭਾਵਸ਼ਾਲੀ ਯੋਜਨਾ ਕਿਸਾਨਾਂ ਨੂੰ ਲਾਭ ਪਹੁੰਚਾਉਣ ਅਤੇ ਫਸਲਾਂ ਦੇ ਜੋਖਮ ਨੂੰ ਘਟਾਉਣ ਲਈ ਜਲਦੀ ਹੀ ਲਾਗੂ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਹ ਪ੍ਰੋਜੈਕਟ ਮੇਰੇ ਜੱਦੀ ਪਿੰਡ ਤੋਂ ਸ਼ੁਰੂ ਹੋਵੇਗਾ ਜਿੱਥੇ 2,000 ਏਕੜ ਵਿੱਚ 413 ਟਿਊਬਵੈੱਲ ਮੋਟਰਾਂ ਅਤੇ 1,100 ਬਿਜਲੀ ਦੇ ਖੰਭੇ ਮੌਜੂਦ ਹਨ, ਜਿਨ੍ਹਾਂ ਨੂੰ ਜ਼ਮੀਨਦੋਜ਼ ਕਰਨ ਦਾ ਕੰਮ ਜਲਦੀ ਹੀ ਸ਼ੁਰੂ ਹੋ ਜਾਵੇਗਾ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ, 2008 ਵਿੱਚ ਸੋਧ ਲਈ ਵਿਸਾਖੀ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਐਕਟ ਅਧੀਨ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਘੱਟੋ-ਘੱਟ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਖ਼ਤ ਸਜ਼ਾ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਪ੍ਰਸਤਾਵਿਤ ਸੋਧਾਂ ਬਾਰੇ ਸੰਤ ਸਮਾਜ ਅਤੇ ਕਾਨੂੰਨੀ ਮਾਹਿਰਾਂ ਨਾਲ ਸਲਾਹ-ਮਸ਼ਵਰਾ ਚੱਲ ਰਿਹਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਕਣਕ ਦੀ ਨਿਰਵਿਘਨ ਖਰੀਦ ਦਾ ਭਰੋਸਾ ਦਿੱਤਾ, ਆੜ੍ਹਤੀਆਂ ਦੀਆਂ ਚਿੰਤਾਵਾਂ ਕੇਂਦਰ ਕੋਲ ਵਾਰ-ਵਾਰ ਉਠਾਈਆਂ ਗਈਆਂ

ਆੜ੍ਹਤੀਆਂ ਦੀਆਂ ਚਿੰਤਾਵਾਂ ਨੂੰ ਸੰਬੋਧਿਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆੜ੍ਹਤੀਆਂ ਨੂੰ ਹਰਿਆਣਾ ਵਿੱਚ ਕਾਰੋਬਾਰ ਕਰਨ ਦੀ ਪੂਰੀ ਖੁੱਲ੍ਹ ਹੈ ਅਤੇ ਉਹ ਨਾਲ ਹੀ ਦੱਸਣਾ ਚਾਹੁੰਦੇ ਹਨ ਕਿ ਉਨ੍ਹਾਂ ਦੇ ਮੁੱਦੇ ਸਿਰਫ਼ ਕੇਂਦਰ ਦੁਆਰਾ ਹੀ ਹੱਲ ਕੀਤੇ ਜਾ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਮੈਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਭਾਰਤ ਸਰਕਾਰ ਅੱਗੇ ਕਈ ਵਾਰ ਉਠਾਇਆ ਹੈ ਪਰ ਕੇਂਦਰ ਵੱਲੋਂ ਇਸ ਪਾਸੇ ਕੋਈ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਦੁਹਰਾਇਆ ਕਿ ਰਾਜ ਸਰਕਾਰ ਕਣਕ ਦੀ ਨਿਰਵਿਘਨ ਅਤੇ ਮੁਸ਼ਕਲ ਰਹਿਤ ਖਰੀਦ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਸਾਰੇ ਪ੍ਰਬੰਧ ਪਹਿਲਾਂ ਹੀ ਕਰ ਲਏ ਗਏ ਹਨ।

ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਹੋਰ ਮੌਜੂਦ ਸਨ।

ਰਾਘਵ ਚੱਢਾ ਦੱਸਣ, ਜਨਹਿਤ ਦੇ ਮੁੱਦਿਆਂ ‘ਤੇ ਮੋਦੀ ਸਰਕਾਰ ਵਿਰੁੱਧ ਬੋਲਣ ਤੋਂ ਕਿਉਂ ਡਰ ਰਹੇ ਹਨ? – ‘ਆਪ’

ਨਵੀਂ ਦਿੱਲੀ, 03 ਅਪ੍ਰੈਲ 2026 :

ਆਮ ਆਦਮੀ ਪਾਰਟੀ ਨੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਉਪ-ਨੇਤਾ ਦੇ ਅਹੁਦੇ ਤੋਂ ਹਟਾਉਣ ਨੂੰ ਇੱਕ ਆਮ ਕਾਰਵਾਈ ਦੱਸਦਿਆਂ ਉਨ੍ਹਾਂ ਦੇ ਬਿਆਨ ‘ਤੇ ਪਲਟਵਾਰ ਕੀਤਾ ਹੈ। ਪਾਰਟੀ ਨੇ ਰਾਘਵ ਚੱਢਾ ਨੂੰ ਪੁੱਛਿਆ ਹੈ ਕਿ ਉਹ ਦੇਸ਼ ਅਤੇ ਪਾਰਟੀ ਨਾਲ ਜੁੜੇ ਮੁੱਦਿਆਂ ‘ਤੇ ਭਾਜਪਾ ਜਾਂ ਮੋਦੀ ਸਰਕਾਰ ਵਿਰੁੱਧ ਬੋਲਣ ਤੋਂ ਕਿਉਂ ਡਰ ਰਹੇ ਹਨ? ਉਹ ਲਗਾਤਾਰ ਪਾਰਟੀ ਲਾਈਨ ਦੇ ਖਿਲਾਫ ਕੰਮ ਕਰ ਰਹੇ ਸਨ। ਮੁੱਖ ਚੋਣ ਕਮਿਸ਼ਨਰ ਵਿਰੁੱਧ ਮਹਾਂਦੋਸ਼ ਦੇ ਪ੍ਰਸਤਾਵ ‘ਤੇ ਹਸਤਾਖਰ ਕਰਨ ਤੋਂ ਇਨਕਾਰ ਕਰਨ ਅਤੇ ਐਲਪੀਜੀ ਸੰਕਟ ‘ਤੇ ਸਦਨ ਵਿੱਚ ਬੋਲਣ ਤੋਂ ਇਨਕਾਰ ਕਰਨ ਸਮੇਤ ਕਈ ਵਾਰ ਰਾਘਵ ਚੱਢਾ ਨੇ ਪਾਰਟੀ ਵਿ੍ਪ ਦੀ ਉਲੰਘਣਾ ਕੀਤੀ। ਲੰਬੇ ਸਮੇਂ ਤੋਂ ਰਾਘਵ ਚੱਢਾ ਨੇ ਸੰਸਦ ਵਿੱਚ ਅਜਿਹਾ ਕੋਈ ਮੁੱਦਾ ਨਹੀਂ ਉਠਾਇਆ ਜਿਸ ਵਿੱਚ ਉਨ੍ਹਾਂ ਨੇ ਮੋਦੀ ਸਰਕਾਰ ਤੋਂ ਸਵਾਲ ਪੁੱਛੇ ਹੋਣ। ਪਾਰਟੀ ਦਾ ਕਹਿਣਾ ਹੈ ਕਿ ਕੇਜਰੀਵਾਲ ਨੇ ਸਭ ਨੂੰ ਨਿਡਰਤਾ ਅਤੇ ਹਿੰਮਤ ਨਾਲ ਲੜਨਾ ਸਿਖਾਇਆ ਹੈ, ਪਰ ਰਾਘਵ ਚੱਢਾ ਭਾਜਪਾ ਅਤੇ ਮੋਦੀ ਸਰਕਾਰ ਤੋਂ ਸਵਾਲ ਕਰਨ ਤੋਂ ਡਰ ਰਹੇ ਹਨ। ਅਜਿਹੀ ਡਰ ਦੀ ਰਾਜਨੀਤੀ ਕਿਵੇਂ ਚੱਲੇਗੀ?

ਭਗਵੰਤ ਸਿੰਘ ਮਾਨ ਨੇ ਰਾਘਵ ਚੱਢਾ ਦੇ ਮੁੱਦੇ ‘ਤੇ ਕਿਹਾ ਕਿ ਇਹ ਪਾਰਟੀ ਦਾ ਫੈਸਲਾ ਹੈ। ਪਾਰਟੀਆਂ ਅਜਿਹੇ ਫੈਸਲੇ ਲੈਂਦੀਆਂ ਰਹਿੰਦੀਆਂ ਹਨ ਅਤੇ ਸੰਸਦ ਵਿੱਚ ਆਪਣੇ ਨੇਤਾ ਅਤੇ ਉਪ-ਨੇਤਾ ਬਦਲਦੀਆਂ ਰਹਿੰਦੀਆਂ ਹਨ। ਜਦੋਂ ਮੈਂ ਪਹਿਲੀ ਵਾਰ ਚੋਣ ਜਿੱਤੀ ਸੀ, ਉਸ ਸਮੇਂ ਪਾਰਟੀ ਨੇ ਡਾ. ਗਾਂਧੀ ਨੂੰ ਨੇਤਾ ਬਣਾਇਆ ਸੀ। ਕੁਝ ਸਮੇਂ ਬਾਅਦ ਮੈਂ ਵੀ ਪਾਰਲੀਮੈਂਟ ਬੋਰਡ ਦਾ ਨੇਤਾ ਬਣਿਆ। ਇਹ ਪਾਰਟੀ ਦਾ ਫੈਸਲਾ ਹੈ ਅਤੇ ਅਜਿਹੇ ਛੋਟੇ-ਛੋਟੇ ਫੈਸਲੇ ਹੁੰਦੇ ਰਹਿੰਦੇ ਹਨ। ਕਈ ਵਾਰ ਲੋਕ ਸਭਾ ਅਤੇ ਰਾਜ ਸਭਾ ਵਿੱਚ ਸਾਰੀਆਂ ਵਿਰੋਧੀ ਪਾਰਟੀਆਂ ਨੂੰ ਇਕਮਤ ਹੋ ਕੇ ਫੈਸਲਾ ਲੈਣਾ ਪੈਂਦਾ ਹੈ, ਜਿਵੇਂ ਕਿ ਸਦਨ ਤੋਂ ਵਾਕਆਊਟ ਕਰਨਾ ਜਾਂ ਸਰਕਾਰ ਦੀਆਂ ਨੀਤੀਆਂ ਦਾ ਵਿਰੋਧ ਕਰਨਾ। ਜੇਕਰ ਕੋਈ ਵਿਅਕਤੀ ਇਹਨਾਂ ਸਮੂਹਿਕ ਫੈਸਲਿਆਂ ਦਾ ਸਮਰਥਨ ਨਹੀਂ ਕਰਦਾ ਅਤੇ ਪਾਰਟੀ ਲਾਈਨ ਦੇ ਉਲਟ ਜਾਂਦਾ ਹੈ, ਤਾਂ ਉਹ ਪਾਰਟੀ ਵਿ੍ਪ ਦੇ ਖਿਲਾਫ ਹੈ। ਜੋ ਵੀ ਪਾਰਟੀ ਵਿ੍ਪ ਦੇ ਖਿਲਾਫ ਜਾਵੇਗਾ, ਉਸ ‘ਤੇ ਕਾਰਵਾਈ ਹੋਵੇਗੀ।

‘ਆਪ’ ਦੇ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ ਅਸੀਂ ਅਰਵਿੰਦ ਕੇਜਰੀਵਾਲ ਦੇ ਸੱਚੇ ਸਿਪਾਹੀ ਹਾਂ ਅਤੇ ਅਸੀਂ ਅਰਵਿੰਦ ਕੇਜਰੀਵਾਲ ਤੋਂ ਇੱਕੋ ਗੱਲ ਸਿੱਖੀ ਹੈ – ਨਿਡਰਤਾ, ਹਿੰਮਤ ਅਤੇ ਸਾਹਸ ਨਾਲ ਲੜਨਾ ਅਤੇ ਸੰਘਰਸ਼ ਕਰਨਾ। ਪਰ ਬੜੇ ਅਫਸੋਸ ਨਾਲ ਕਹਿਣਾ ਪੈ ਰਿਹਾ ਹੈ ਕਿ ਦੇਸ਼ ਦੇ ਕਈ ਮੁੱਦਿਆਂ ‘ਤੇ ਜਦੋਂ ਮੁੱਖ ਚੋਣ ਕਮਿਸ਼ਨਰ ਵਿਰੁੱਧ ਪ੍ਰਸਤਾਵ ਆਉਂਦਾ ਹੈ, ਤਾਂ ਰਾਘਵ ਚੱਢਾ ਉਸ ‘ਤੇ ਹਸਤਾਖਰ ਨਹੀਂ ਕਰਦੇ। ਪੱਛਮੀ ਬੰਗਾਲ ਵਿੱਚ ਲੋਕਾਂ ਦੇ ਵੋਟ ਪਾਉਣ ਦੇ ਅਧਿਕਾਰ ਖੋਹੇ ਜਾ ਰਹੇ ਹਨ। ਦਿੱਲੀ ਵਿੱਚ ਅਸੀਂ ਦੇਖਿਆ ਕਿ ਚੋਣ ਕਮਿਸ਼ਨ ਦੀ ਦੁਰਵਰਤੋਂ ਕਿਵੇਂ ਹੋਈ। ਜਦੋਂ ਪੰਜਾਬ ਦਾ ਮੁੱਦਾ ਹੁੰਦਾ ਹੈ, ਤਾਂ ਉਹ ਉਸ ਸਮੇਂ ਖਾਮੋਸ਼ ਰਹਿੰਦੇ ਹਨ, ਕੁਝ ਨਹੀਂ ਬੋਲਦੇ। ਉਹ ਪ੍ਰਧਾਨ ਮੰਤਰੀ ਮੋਦੀ ਖਿਲਾਫ ਆਵਾਜ਼ ਨਹੀਂ ਉਠਾਉਂਦੇ।

ਸੰਜੇ ਸਿੰਘ ਨੇ ਅੱਗੇ ਕਿਹਾ ਕਿ ਜਨਹਿਤ ਨਾਲ ਜੁੜੇ ਮੁੱਦੇ, ਜੋ ਦੇਸ਼, ਆਮ ਆਦਮੀ ਪਾਰਟੀ ਅਤੇ ਪਾਰਟੀ ਵਰਕਰਾਂ ਨਾਲ ਜੁੜੇ ਹੋਏ ਹਨ, ਉਨ੍ਹਾਂ ‘ਤੇ ਰਾਘਵ ਚੱਢਾ ਚੁੱਪ ਰਹਿੰਦੇ ਹਨ। ਗੁਜਰਾਤ ਵਿੱਚ ‘ਆਪ’ ਵਰਕਰਾਂ ਦੀ ਕੁੱਟਮਾਰ ਕੀਤੀ ਜਾਂਦੀ ਹੈ, ਉਹ ਉਸ ‘ਤੇ ਨਹੀਂ ਬੋਲਦੇ। ਮੋਦੀ ਸਰਕਾਰ ਪੰਜਾਬ ਦੇ ਤਮਾਮ ਅਧਿਕਾਰ ਖੋਹਣ ਦਾ ਕੰਮ ਕਰਦੀ ਹੈ, ਉਸ ‘ਤੇ ਵੀ ਉਹ ਕੁਝ ਨਹੀਂ ਬੋਲਦੇ। ਜਦੋਂ ਬਹੁਤ ਸਾਰੇ ਮੁੱਦਿਆਂ ‘ਤੇ ਸਦਨ ਤੋਂ ਵਾਕਆਊਟ ਕਰਨ ਦੀ ਗੱਲ ਆਉਂਦੀ ਹੈ, ਤਾਂ ਉਹ ਵਾਕਆਊਟ ਨਹੀਂ ਕਰਦੇ। ਇਹ ਸਾਰੀਆਂ ਚੀਜ਼ਾਂ ਹਨ ਜਿਨ੍ਹਾਂ ਦਾ ਜਵਾਬ ਦੇਸ਼ ਅਤੇ ਜਨਤਾ ਰਾਘਵ ਚੱਢਾ ਤੋਂ ਚਾਹੁੰਦੀ ਹੈ।

ਆਮ ਆਦਮੀ ਪਾਰਟੀ ਦੇ ਦਿੱਲੀ ਪ੍ਰਦੇਸ਼ ਪ੍ਰਧਾਨ ਸੌਰਭ ਭਾਰਦਵਾਜ ਨੇ ਰਾਘਵ ਚੱਢਾ ਨੂੰ ਕਿਹਾ ਕਿ ਅਸੀਂ ਸਾਰੇ ਅਰਵਿੰਦ ਕੇਜਰੀਵਾਲ ਦੇ ਸਿਪਾਹੀ ਹਾਂ ਅਤੇ ਅਸੀਂ ਇੱਕੋ ਗੱਲ ਸਿੱਖੀ ਹੈ ਕਿ “ਜੋ ਡਰ ਗਿਆ, ਸਮਝੋ ਮਰ ਗਿਆ।” ਅਸੀਂ ਸਾਰਿਆਂ ਨੇ ਸਰਕਾਰ ਦੀਆਂ ਅੱਖਾਂ ਵਿੱਚ ਅੱਖਾਂ ਪਾ ਕੇ ਜਨਤਾ ਦੇ ਮੁੱਦੇ ਚੁੱਕਣੇ ਸੀ। ਪਿਛਲੇ ਕੁਝ ਦਿਨਾਂ ਵਿੱਚ ਅਸੀਂ ਦੇਖਿਆ ਹੈ ਕਿ ਜੋ ਵੀ ਵਿਅਕਤੀ ਸਰਕਾਰ ਵਿਰੁੱਧ ਗੰਭੀਰ ਮੁੱਦੇ ਚੁੱਕਦਾ ਹੈ, ਸਰਕਾਰ ਤੋਂ ਸਵਾਲ ਪੁੱਛਦਾ ਹੈ ਅਤੇ ਲੋਕਾਂ ਦੀ ਗੱਲ ਕਰਦਾ ਹੈ, ਸਰਕਾਰ ਇੱਕ ਤਾਨਾਸ਼ਾਹ ਵਾਂਗ ਉਸਨੂੰ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਬੈਨ ਕਰ ਰਹੀ ਹੈ। ਚਾਹੇ ਉਹ ਐਕਸ (ਟਵਿੱਟਰ) ਹੋਵੇ, ਫੇਸਬੁੱਕ ਹੋਵੇ ਜਾਂ ਯੂਟਿਊਬ, ਹਰ ਜਗ੍ਹਾ ਬੈਨ ਕੀਤਾ ਜਾ ਰਿਹਾ ਹੈ। ਐਫਆਈਆਰ ਦਰਜ ਕੀਤੀਆਂ ਜਾ ਰਹੀਆਂ ਹਨ ਅਤੇ ਮੁਕੱਦਮੇ ਚਲਾਏ ਜਾ ਰਹੇ ਹਨ।

ਸੌਰਭ ਭਾਰਦਵਾਜ ਨੇ ਕਿਹਾ ਕਿ ਸਰਕਾਰ ਨੂੰ ਇਸ ਗੱਲ ਨਾਲ ਕੋਈ ਫਰਕ ਨਹੀਂ ਪੈਂਦਾ ਕਿ ਕੋਈ ਸੰਸਦ ਵਿੱਚ ਆਪਣਾ ‘ਸੌਫਟ ਪੀਆਰ’ ਕਰੇ। ਸੰਸਦ ਵਿੱਚ ਇੱਕ ਛੋਟੀ ਜਿਹੀ ਪਾਰਟੀ ਕੋਲ ਬਹੁਤ ਸੀਮਤ ਸਮਾਂ ਹੁੰਦਾ ਹੈ। ਉਸ ਵਿੱਚ ਜੇਕਰ ਕੋਈ ਸਮੋਸਿਆਂ ਦੀ ਗੱਲ ਕਰ ਰਿਹਾ ਹੈ, ਤਾਂ ਉਸ ਤੋਂ ਕਿਤੇ ਜ਼ਿਆਦਾ ਜ਼ਰੂਰੀ ਹੈ ਕਿ ਦੇਸ਼ ਦੇ ਵੱਡੇ ਮੁੱਦਿਆਂ ਨੂੰ ਉਠਾਇਆ ਜਾਵੇ। ਉਨ੍ਹਾਂ ਕਿਹਾ ਕਿ ਪੂਰੇ ਦੇਸ਼ ਦੇ ਹਰ ਸੂਬੇ ਵਿੱਚ ਅਸੀਂ ਦੇਖਿਆ ਹੈ ਕਿ ਚੋਣਾਂ ਤੋਂ ਪਹਿਲਾਂ ਸਹੀ ਲੋਕਾਂ ਦੀਆਂ ਵੋਟਾਂ ਕੱਟੀਆਂ ਜਾਂਦੀਆਂ ਹਨ ਅਤੇ ਜਾਅਲੀ ਵੋਟਾਂ ਬਣਾ ਕੇ ਸਰਕਾਰ ਪੂਰੀ ਬੇਈਮਾਨੀ ਨਾਲ ਸਿਸਟਮ ‘ਤੇ ਕਬਜ਼ਾ ਕਰਕੇ ਚੋਣਾਂ ਜਿੱਤ ਰਹੀ ਹੈ। ਪੱਛਮੀ ਬੰਗਾਲ ਵਿੱਚ ਵੀ ਇਹੀ ਹੋ ਰਿਹਾ ਹੈ।

ਸੌਰਭ ਭਾਰਦਵਾਜ ਨੇ ਕਿਹਾ ਕਿ ਹੁਣੇ ਹੀ ਸਾਰੀਆਂ ਵਿਰੋਧੀ ਪਾਰਟੀਆਂ ਮੁੱਖ ਚੋਣ ਕਮਿਸ਼ਨਰ ‘ਤੇ ਮਹਾਂਦੋਸ਼ ਚਲਾਉਣ ਲਈ ਪ੍ਰਸਤਾਵ ਲਿਆਉਣਾ ਚਾਹੁੰਦੀਆਂ ਸਨ, ਪਰ ਤੁਸੀਂ (ਰਾਘਵ ਚੱਢਾ) ਉਸ ‘ਤੇ ਹਸਤਾਖਰ ਕਰਨ ਤੋਂ ਮਨ੍ਹਾ ਕਰ ਦਿੱਤਾ। ਜਦੋਂ ਵੀ ਅਜਿਹਾ ਕੋਈ ਮੁੱਦਾ ਆਉਂਦਾ ਹੈ ਜਿਸ ‘ਤੇ ਵਿਰੋਧੀ ਧਿਰ ਵਾਕਆਊਟ ਕਰਦੀ ਹੈ, ਤਾਂ ਤੁਸੀਂ ਵਾਕਆਊਟ ਨਹੀਂ ਕਰਦੇ। ਪਿਛਲੇ ਕਾਫੀ ਸਮੇਂ ਤੋਂ ਮੈਂ ਦੇਖਿਆ ਹੈ ਕਿ ਤੁਸੀਂ ਸਦਨ ਵਿੱਚ ਅਜਿਹਾ ਕੋਈ ਮੁੱਦਾ ਨਹੀਂ ਉਠਾਇਆ ਜਿਸ ਵਿੱਚ ਪ੍ਰਧਾਨ ਮੰਤਰੀ ਮੋਦੀ ਜਾਂ ਭਾਜਪਾ ਸਰਕਾਰ ਤੋਂ ਕੋਈ ਸਵਾਲ ਪੁੱਛਿਆ ਗਿਆ ਹੋਵੇ। ਅਜਿਹੀ ਡਰ ਦੀ ਰਾਜਨੀਤੀ ਕਿਵੇਂ ਚੱਲੇਗੀ?

ਸੌਰਭ ਭਾਰਦਵਾਜ ਨੇ ਕਿਹਾ ਕਿ ਸਾਨੂੰ ਪੰਜਾਬ ਦੇ ਮੁੱਦੇ ਉਠਾਉਣੇ ਹਨ। ਜਿੱਥੋਂ ਤੁਸੀਂ ਚੁਣ ਕੇ ਆਏ ਹੋ, ਤੁਸੀਂ ਉਹਨਾਂ ਮੁੱਦਿਆਂ ਨੂੰ ਉਠਾਉਣ ਤੋਂ ਵੀ ਘਬਰਾਉਂਦੇ ਹੋ। ਹਾਲ ਹੀ ਵਿੱਚ ਗੁਜਰਾਤ ਵਿੱਚ ਆਮ ਆਦਮੀ ਪਾਰਟੀ ਦੇ ਕਰੀਬ 160 ਵਰਕਰਾਂ ‘ਤੇ ਝੂਠੇ ਕੇਸਾਂ ਤਹਿਤ ਐਫਆਈਆਰ ਦਰਜ ਕੀਤੀ ਗਈ, ਕਈ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ, ਪਰ ਤੁਸੀਂ ਉਸ ‘ਤੇ ਵੀ ਚੁੱਪ ਰਹੇ। ਆਮ ਆਦਮੀ ਪਾਰਟੀ ਦੇ ਕਈ ਆਗੂ ਜੇਲ੍ਹ ਵਿੱਚ ਸਨ। ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਵਜੋਂ ਸਰਕਾਰ ਨੇ ਇੱਕ ਝੂਠੇ ਕੇਸ ਵਿੱਚ ਗ੍ਰਿਫਤਾਰ ਕਰ ਲਿਆ, ਉਸ ਸਮੇਂ ਵੀ ਤੁਸੀਂ ਦੇਸ਼ ਵਿੱਚ ਨਹੀਂ ਸੀ ਅਤੇ ਕਿਤੇ ਜਾ ਕੇ ਲੁਕ ਗਏ ਸੀ।

ਸੌਰਭ ਭਾਰਦਵਾਜ ਨੇ ਅੱਗੇ ਕਿਹਾ ਕਿ ਮੇਰਾ ਮੰਨਣਾ ਹੈ ਕਿ ਦੇਸ਼ ਲਈ ਅਸਲੀ ਮੁੱਦੇ ਸਾਨੂੰ ਨਿਡਰਤਾ ਅਤੇ ਹਿੰਮਤ ਨਾਲ ਉਠਾਉਣੇ ਪੈਣਗੇ। ਭਾਜਪਾ ਦੀਆਂ ਅੱਖਾਂ ਵਿੱਚ ਅੱਖਾਂ ਪਾ ਕੇ ਮੁੱਦੇ ਉਠਾਉਣੇ ਪੈਣਗੇ। ਨਹੀਂ ਤਾਂ ਤੁਹਾਡੇ ਇਹਨਾਂ ਸੌਫਟ ਮੁੱਦਿਆਂ ਨਾਲ ਸਰਕਾਰ ਨੂੰ ਕੋਈ ਫਰਕ ਨਹੀਂ ਪੈਂਦਾ। ਸਗੋਂ ਭਾਜਪਾ ਤਾਂ ਵੀਰਵਾਰ ਤੋਂ ਤੁਹਾਨੂੰ ਸੋਸ਼ਲ ਮੀਡੀਆ ‘ਤੇ ਸਪੋਰਟ ਕਰ ਰਹੀ ਹੈ। ਤੁਸੀਂ ਇਸ ਬਾਰੇ ਸੋਚਿਓ ਅਤੇ ਦੇਖਿਓ ਕਿ ਤੁਸੀਂ ਕਿੱਥੋਂ ਚੱਲੇ ਸੀ ਅਤੇ ਕਿੱਥੇ ਆ ਗਏ ਹੋ। ਦੇਸ਼ ਨੂੰ ਕਿਨ੍ਹਾਂ ਚੀਜ਼ਾਂ ਦੀ ਲੋੜ ਹੈ ਅਤੇ ਤੁਸੀਂ ਕਿਵੇਂ ਬਿਹਤਰ ਕਰ ਸਕਦੇ ਹੋ।

ਦੂਜੇ ਪਾਸੇ, ਦਿੱਲੀ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਨੇ ਰਾਘਵ ਚੱਢਾ ਤੋਂ ਸਵਾਲ ਕਰਦਿਆਂ ਕਿਹਾ ਕਿ ਉਹ ਭਾਜਪਾ ਤੋਂ ਇੰਨਾ ਕਿਉਂ ਡਰਦੇ ਹਨ? ਉਹ ਭਾਜਪਾ ‘ਤੇ ਸਵਾਲ ਚੁੱਕਣ ਤੋਂ ਕਿਉਂ ਡਰਦੇ ਹਨ? ਉਹ ਮੋਦੀ ਜੀ ਤੋਂ ਸਵਾਲ ਪੁੱਛਣ ਤੋਂ ਕਿਉਂ ਡਰਦੇ ਹਨ? ਅੱਜ ਸਾਡਾ ਦੇਸ਼ ਬਹੁਤ ਵੱਡੇ ਸੰਕਟ ਵਿੱਚੋਂ ਗੁਜ਼ਰ ਰਿਹਾ ਹੈ। ਅੱਜ ਸਾਡੇ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ‘ਤੇ ਖਤਰਾ ਮੰਡਰਾ ਰਿਹਾ ਹੈ। ਅੱਜ ਸਾਡੀਆਂ ਅੱਖਾਂ ਦੇ ਸਾਹਮਣੇ ਚੋਣ ਕਮਿਸ਼ਨ ਦੀ ਦੁਰਵਰਤੋਂ ਕਰਕੇ ਪੱਛਮੀ ਬੰਗਾਲ ਦੀ ਚੋਣ ਚੋਰੀ ਕੀਤੀ ਜਾ ਰਹੀ ਹੈ, ਪਰ ਉਹ ਉਸ ‘ਤੇ ਸਵਾਲ ਨਹੀਂ ਉਠਾ ਰਹੇ। ਉਹ ਉਸ ‘ਤੇ ਬੋਲਣ ਤੋਂ ਡਰ ਰਹੇ ਹਨ।

ਆਤਿਸ਼ੀ ਨੇ ਕਿਹਾ ਕਿ ਅਸੀਂ ਸਭ ਨੇ ਦੇਖਿਆ ਹੈ ਕਿ ਕਿਸ ਤਰ੍ਹਾਂ ਦਿੱਲੀ ਵਿੱਚ ਗਲਤ ਤਰੀਕੇ ਨਾਲ ਵੋਟਾਂ ਕੱਟੀਆਂ ਗਈਆਂ। ਭਾਜਪਾ ਵਰਕਰਾਂ ਨੇ ਗਲਤ ਤਰੀਕੇ ਨਾਲ ਵੋਟਾਂ ਬਣਾਈਆਂ ਅਤੇ ਭਾਜਪਾ ਚੋਣ ਚੋਰੀ ਕਰਕੇ ਲੈ ਗਈ। ਅੱਜ ਪੱਛਮੀ ਬੰਗਾਲ ਵਿੱਚ ਵੀ ਇਹੀ ਹੋ ਰਿਹਾ ਹੈ, ਉੱਥੇ ਵੀ ਚੋਣ ਕਮਿਸ਼ਨ ਦੀ ਦੁਰਵਰਤੋਂ ਹੋ ਰਹੀ ਹੈ। ਪਰ ਜਦੋਂ ਤ੍ਰਿਣਮੂਲ ਕਾਂਗਰਸ ਅਤੇ ਸਾਰੀ ਵਿਰੋਧੀ ਧਿਰ ਚੋਣ ਕਮਿਸ਼ਨ ਵਿਰੁੱਧ ਮਹਾਂਦੋਸ਼ ਦਾ ਪ੍ਰਸਤਾਵ ਲੈ ਕੇ ਆਉਂਦੀ ਹੈ, ਤਾਂ ਰਾਘਵ ਚੱਢਾ ਉਸ ‘ਤੇ ਹਸਤਾਖਰ ਕਰਨ ਤੋਂ ਮਨ੍ਹਾ ਕਰ ਦਿੰਦੇ ਹਨ। ਕੀ ਉਨ੍ਹਾਂ ਨੇ ਇੱਕ ਵਾਰ ਵੀ ਸੰਸਦ ਵਿੱਚ ਪੱਛਮੀ ਬੰਗਾਲ ਵਿੱਚ ਲੋਕਤੰਤਰ ‘ਤੇ ਹੋ ਰਹੇ ਹਮਲੇ ‘ਤੇ ਸਵਾਲ ਚੁੱਕੇ? ਵੋਟਾਂ ਕੱਟਣ ‘ਤੇ ਸਵਾਲ ਚੁੱਕੇ? ਗਲਤ ਤਰੀਕੇ ਨਾਲ ਬਣ ਰਹੀਆਂ ਵੋਟਾਂ ‘ਤੇ ਸਵਾਲ ਚੁੱਕੇ? ਉਨ੍ਹਾਂ ਨੇ ਇਹ ਸਵਾਲ ਕਿਉਂ ਨਹੀਂ ਚੁੱਕੇ? ਕੀ ਉਹ ਭਾਜਪਾ ਤੋਂ ਡਰ ਰਹੇ ਹਨ? ਕੀ ਉਹ ਮੋਦੀ ਜੀ ਤੋਂ ਡਰ ਰਹੇ ਹਨ?

ਆਤਿਸ਼ੀ ਨੇ ਕਿਹਾ ਕਿ ਅੱਜ ਦੇਸ਼ ਦੇ ਆਮ ਆਦਮੀ ਸਾਹਮਣੇ ਸਭ ਤੋਂ ਵੱਡਾ ਸੰਕਟ ਐਲਪੀਜੀ ਗੈਸ ਸਿਲੰਡਰ ਦਾ ਹੈ। ਰਾਘਵ ਚੱਢਾ ਤਾਂ ਵੱਡੇ ਆਦਮੀ ਹਨ, ਰਾਜ ਸਭਾ ਮੈਂਬਰ ਹਨ, ਹੋ ਸਕਦਾ ਹੈ ਉਨ੍ਹਾਂ ਨੂੰ ਕੋਈ ਦਿੱਕਤ ਨਾ ਆਉਂਦੀ ਹੋਵੇ। ਪਰ ਇੱਕ ਆਮ ਪਰਿਵਾਰ, ਇੱਕ ਛੋਟੇ ਜਿਹੇ ਮਕਾਨ ਜਾਂ ਕੱਚੀ ਕਲੋਨੀ ਵਿੱਚ ਰਹਿਣ ਵਾਲੇ ਅਤੇ ਇੱਕ ਗੈਸ ਸਿਲੰਡਰ ਕਨੈਕਸ਼ਨ ਵਾਲੇ ਪਰਿਵਾਰ ਨੂੰ ਅੱਜ ਆਪਣੇ ਬੱਚਿਆਂ ਲਈ ਰੋਟੀ ਬਣਾਉਣ ਵਿੱਚ ਭਾਰੀ ਮੁਸ਼ਕਲ ਹੋ ਰਹੀ ਹੈ। ਪਿਤਾ ਸੋਚ ਰਿਹਾ ਹੈ ਕਿ ਕੰਮ ‘ਤੇ ਜਾਵਾਂ ਅਤੇ ਦਿਹਾੜੀ ਲੈ ਕੇ ਆਵਾਂ, ਜਾਂ ਲੰਬੀਆਂ ਲਾਈਨਾਂ ਵਿੱਚ ਖੜ੍ਹ ਕੇ ਗੈਸ ਸਿਲੰਡਰ ਲੈ ਕੇ ਆਵਾਂ ਤਾਂ ਜੋ ਕੱਲ੍ਹ ਮੇਰੇ ਬੱਚਿਆਂ ਲਈ ਦੁਪਹਿਰ ਦਾ ਖਾਣਾ ਬਣ ਸਕੇ।

ਆਤਿਸ਼ੀ ਨੇ ਕਿਹਾ ਕਿ ਜਦੋਂ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਅਤੇ ਦਿੱਲੀ ਵਿਧਾਨ ਸਭਾ ਵਿੱਚ ਸਿਲੰਡਰ ਦਾ ਸਵਾਲ ਉਠਾਇਆ, ਜਦੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰਾਂ ਨੇ ਐਲਪੀਜੀ ਸਿਲੰਡਰ ਦਾ ਮੁੱਦਾ ਚੁੱਕਿਆ ਅਤੇ ਜਦੋਂ ਰਾਘਵ ਚੱਢਾ ਨੂੰ ਐਲਪੀਜੀ ਦੇ ਮੁੱਦੇ ‘ਤੇ ਬੋਲਣ ਲਈ ਕਿਹਾ ਗਿਆ, ਤਾਂ ਉਹ ਚੁੱਪ ਰਹਿ ਗਏ। ਕੀ ਉਹ ਮੋਦੀ ਜੀ ਤੋਂ ਡਰ ਗਏ ਹਨ? ਅੱਜ ਇਸ ਦੇਸ਼ ਵਿੱਚ ਹਰ ਇਨਸਾਨ ਨੂੰ ਇਹ ਤੈਅ ਕਰਨਾ ਹੋਵੇਗਾ ਕਿ ਕੀ ਉਹ ਮੋਦੀ ਜੀ ਦੇ ਨਾਲ ਹੈ ਜਾਂ ਸੰਵਿਧਾਨ ਅਤੇ ਲੋਕਤੰਤਰ ਦੇ ਨਾਲ।

ਆਤਿਸ਼ੀ ਨੇ ਕਿਹਾ ਕਿ ਮੈਨੂੰ ਯਾਦ ਆ ਰਿਹਾ ਹੈ ਕਿ ਜਦੋਂ ਅਰਵਿੰਦ ਕੇਜਰੀਵਾਲ ਗ੍ਰਿਫਤਾਰ ਹੋਏ ਸੀ, ਉਦੋਂ ਅਸੀਂ ਸਾਰੇ ਸੜਕਾਂ ‘ਤੇ ਖੜ੍ਹੇ ਹੋ ਕੇ ਲੜ ਰਹੇ ਸੀ। ਪੁਲਿਸ ਸਾਡੇ ‘ਤੇ ਲਾਠੀਆਂ ਵਰਾ ਰਹੀ ਸੀ ਅਤੇ ਸਾਨੂੰ ਘੜੀਸ-ਘੜੀਸ ਕੇ ਫੜ ਕੇ ਲੈ ਜਾ ਰਹੀ ਸੀ। ਦਿੱਲੀ ਦੇ ਵੱਖ-ਵੱਖ ਥਾਣਿਆਂ ਵਿੱਚ, ਕਿਤੇ ਨਰੇਲਾ ਵਿੱਚ, ਕਿਤੇ ਬਵਾਨਾ ਵਿੱਚ ਸਾਨੂੰ ਹਿਰਾਸਤ ਵਿੱਚ ਲਿਆ ਗਿਆ ਸੀ। ਅਸੀਂ ਰੋਜ਼ ਸੜਕਾਂ ‘ਤੇ ਲੜ ਰਹੇ ਸੀ ਅਤੇ ਉਦੋਂ ਰਾਘਵ ਚੱਢਾ ਲੰਡਨ ਵਿੱਚ ਸਨ। ਉਨ੍ਹਾਂ ਨੇ ਸਾਨੂੰ ਦੱਸਿਆ ਸੀ ਕਿ ਉਨ੍ਹਾਂ ਦੀ ਅੱਖ ਦਾ ਆਪਰੇਸ਼ਨ ਹੋ ਰਿਹਾ ਹੈ, ਇਸ ਲਈ ਉਹ ਲੰਡਨ ਵਿੱਚ ਹਨ। ਉਦੋਂ ਮੀਡੀਆ ਨੇ ਸਾਨੂੰ ਬਹੁਤ ਸਵਾਲ ਪੁੱਛੇ। ਵਾਰ-ਵਾਰ ਅਸੀਂ ਮੀਡੀਆ ਨੂੰ ਕਿਹਾ ਕਿ ਰਾਘਵ ਚੱਢਾ ਡਰੇ ਨਹੀਂ ਹਨ। ਉਨ੍ਹਾਂ ਦੀ ਅੱਖ ਵਿੱਚ ਦਿੱਕਤ ਹੈ ਅਤੇ ਉਹ ਆਪਣਾ ਆਪਰੇਸ਼ਨ ਕਰਵਾਉਣ ਗਏ ਹਨ। ਪਰ ਅੱਜ ਮੇਰੇ ਮਨ ਵਿੱਚ ਵੀ ਇਹ ਸਵਾਲ ਆ ਰਿਹਾ ਹੈ ਕਿ ਜਦੋਂ ਅਰਵਿੰਦ ਕੇਜਰੀਵਾਲ ਗ੍ਰਿਫਤਾਰ ਹੋਏ, ਕੀ ਉਦੋਂ ਵੀ ਉਹ ਭਾਜਪਾ ਤੋਂ ਡਰ ਗਏ ਸੀ? ਕੀ ਉਦੋਂ ਵੀ ਉਹ ਮੋਦੀ ਜੀ ਤੋਂ ਡਰ ਗਏ ਸੀ? ਕੀ ਉਹ ਡਰ ਕੇ ਲੰਡਨ ਭੱਜ ਗਏ ਸੀ?

ਆਤਿਸ਼ੀ ਨੇ ਅੱਗੇ ਕਿਹਾ ਕਿ ਹੋ ਸਕਦਾ ਹੈ ਕਿ ਰਾਘਵ ਚੱਢਾ ਮੋਦੀ ਜੀ ਤੋਂ ਡਰਦੇ ਹੋਣ, ਹੋ ਸਕਦਾ ਹੈ ਕਿ ਉਹ ਜੇਲ੍ਹ ਜਾਣ ਤੋਂ ਡਰਦੇ ਹੋਣ। ਪਰ ਅਸੀਂ ਅਰਵਿੰਦ ਕੇਜਰੀਵਾਲ ਦੇ ਸਿਪਾਹੀ ਹਾਂ। ਅਸੀਂ ਨਾ ਭਾਜਪਾ ਤੋਂ ਡਰਦੇ ਹਾਂ, ਨਾ ਮੋਦੀ ਜੀ ਤੋਂ ਡਰਦੇ ਹਾਂ, ਨਾ ਉਨ੍ਹਾਂ ਦੀਆਂ ਏਜੰਸੀਆਂ ਤੋਂ ਅਤੇ ਨਾ ਹੀ ਜੇਲ੍ਹ ਜਾਣ ਤੋਂ ਡਰਦੇ ਹਾਂ। ਇਸ ਲਈ ਅਸੀਂ ਇਸ ਦੇਸ਼ ਦੇ ਆਮ ਆਦਮੀ ਦੀ ਆਵਾਜ਼ ਉਠਾਉਂਦੇ ਆਏ ਹਾਂ ਅਤੇ ਅੱਗੇ ਵੀ ਉਠਾਉਂਦੇ ਰਹਾਂਗੇ। ਅਸੀਂ ਇਸ ਲੋਕਤੰਤਰ ਲਈ ਆਵਾਜ਼ ਉਠਾਉਂਦੇ ਆਏ ਹਾਂ ਅਤੇ ਉਠਾਉਂਦੇ ਰਹਾਂਗੇ। ਮੋਦੀ ਜੀ ਜਾਂ ਭਾਜਪਾ ਤੋਂ ਡਰਨ ਨਾਲ ਸੰਵਿਧਾਨ ਅਤੇ ਲੋਕਤੰਤਰ ਨਹੀਂ ਬਚੇਗਾ। ਅੱਜ ਰਾਘਵ ਚੱਢਾ ਨੂੰ ਇਹ ਤੈਅ ਕਰਨਾ ਹੈ ਕਿ ਕੀ ਉਹ ਸੰਵਿਧਾਨ ਦੇ ਨਾਲ ਹਨ ਜਾਂ ਫਿਰ ਮੋਦੀ ਜੀ ਦੇ ਨਾਲ।

ਉੱਥੇ ਹੀ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਮੀਡੀਆ ਇੰਚਾਰਜ ਅਨੁਰਾਗ ਢਾਂਡਾ ਨੇ ਕਿਹਾ ਕਿ ਅਸੀਂ ਕੇਜਰੀਵਾਲ ਦੇ ਸਿਪਾਹੀ ਹਾਂ। ਨਿਡਰਤਾ ਹੀ ਸਾਡੀ ਪਹਿਲੀ ਪਛਾਣ ਹੈ। ਕੋਈ ਮੋਦੀ ਤੋਂ ਡਰ ਜਾਵੇ ਤਾਂ ਦੇਸ਼ ਲਈ ਕੀ ਲੜੇਗਾ? ਪਾਰਟੀ ਨੂੰ ਸੰਸਦ ਵਿੱਚ ਬੋਲਣ ਲਈ ਬਹੁਤ ਘੱਟ ਸਮਾਂ ਮਿਲਦਾ ਹੈ। ਉਸ ਵਿੱਚ ਜਾਂ ਤਾਂ ਦੇਸ਼ ਬਚਾਉਣ ਦਾ ਸੰਘਰਸ਼ ਕਰ ਸਕਦੇ ਹੋ ਜਾਂ ਏਅਰਪੋਰਟ ਕੰਟੀਨ ਵਿੱਚ ਸਮੋਸੇ ਸਸਤੇ ਕਰਵਾਉਣ ਦਾ। ਗੁਜਰਾਤ ਵਿੱਚ ਸਾਡੇ ਸੈਂਕੜੇ ਵਰਕਰ ਭਾਜਪਾ ਦੀ ਪੁਲਿਸ ਨੇ ਗ੍ਰਿਫਤਾਰ ਕਰ ਲਏ, ਕੀ ਸਾੰਸਦ ਸਾਹਿਬ ਸਦਨ ਵਿੱਚ ਕੁਝ ਬੋਲੇ?

ਅਨੁਰਾਗ ਢਾਂਡਾ ਨੇ ਕਿਹਾ ਕਿ ਪੱਛਮੀ ਬੰਗਾਲ ਵਿੱਚ ਵੋਟ ਦਾ ਅਧਿਕਾਰ ਖੋਹਿਆ ਜਾ ਰਿਹਾ ਹੈ। ਸਦਨ ਵਿੱਚ ਮੁੱਖ ਚੋਣ ਕਮਿਸ਼ਨਰ ਵਿਰੁੱਧ ਪ੍ਰਸਤਾਵ ਆਇਆ ਤਾਂ ਭਾਈ ਸਾਹਿਬ ਨੇ ਸਾਈਨ ਕਰਨ ਤੋਂ ਮਨ੍ਹਾ ਕਰ ਦਿੱਤਾ। ਪਾਰਟੀ ਨੇ ਸਦਨ ਤੋਂ ਵਾਕਆਊਟ ਕੀਤਾ ਤਾਂ ਮੋਦੀ ਜੀ ਦੀ ਹਾਜ਼ਰੀ ਲਾਉਣ ਲਈ ਬੈਠੇ ਰਹਿੰਦੇ ਹਨ। ਪਿਛਲੇ ਕੁਝ ਸਾਲਾਂ ਤੋਂ ਤੁਸੀਂ ਡਰ ਗਏ ਹੋ ਰਾਘਵ। ਮੋਦੀ ਖਿਲਾਫ ਬੋਲਣ ਤੋਂ ਘਬਰਾਉਂਦੇ ਹੋ। ਦੇਸ਼ ਦੇ ਅਸਲੀ ਮੁੱਦਿਆਂ ‘ਤੇ ਬੋਲਣ ਤੋਂ ਘਬਰਾਉਂਦੇ ਹੋ। ਜੋ ਡਰ ਗਿਆ, ਉਹ ਸਮਝੋ ਮਰ ਗਿਆ।

ਪੰਜਾਬ

ਦੇਸ਼