Breaking News
ਡਾ. ਬਲਜੀਤ ਕੌਰ ਵੱਲੋਂ ਮਲੋਟ ਵਿੱਚ ₹16.25 ਕਰੋੜ ਦਾ ਵਾਟਰ ਸਪਲਾਈ ਪ੍ਰੋਜੈਕਟ ਸ਼ੁਰੂ


ਚੰਡੀਗੜ੍ਹ/ਮਲੋਟ, 24 ਮਾਰਚ:

ਮਲੋਟ ਹਲਕੇ ਦੀ ਵਿਧਾਇਕ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਯਤਨਾਂ ਸਦਕਾ ਮਲੋਟ ਸ਼ਹਿਰ ਵਿੱਚ ਪੀਣ ਵਾਲੇ ਸਾਫ਼ ਪਾਣੀ ਦੀ ਸਪਲਾਈ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਵੱਡਾ ਕਦਮ ਚੁੱਕਿਆ ਗਿਆ ਹੈ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਮਰੂਤ 2 ਸਕੀਮ ਅਧੀਨ ₹16.25 ਕਰੋੜ ਦੀ ਲਾਗਤ ਨਾਲ ਮਲੋਟ ਸ਼ਹਿਰ ਲਈ ਵਾਟਰ ਸਪਲਾਈ ਪ੍ਰੋਜੈਕਟ ਦੀ ਅੱਜ ਸ਼ੁਰੂਆਤ ਕੀਤੀ ਗਈ ਹੈ, ਜਿਸ ਨਾਲ ਲਗਭਗ ਇੱਕ ਲੱਖ ਆਬਾਦੀ ਨੂੰ ਸਿੱਧਾ ਲਾਭ ਮਿਲੇਗਾ।

ਉਨ੍ਹਾਂ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਸਰਹਿੰਦ ਫੀਡਰ ‘ਤੇ ਨਵੀਂ ਪੰਪਿੰਗ ਮਸ਼ੀਨਰੀ ਲਗਾਈ ਜਾਵੇਗੀ ਅਤੇ ਪੁਰਾਣੀ ਤੇ ਲੀਕੇਜ ਕਾਰਨ ਖਰਾਬ ਹੋ ਚੁੱਕੀ 8300 ਮੀਟਰ ਪਾਇਪ ਲਾਈਨ ਨੂੰ ਬਦਲ ਕੇ ਨਵੀਂ ਲਾਈਨ ਵਿਛਾਈ ਜਾਵੇਗੀ। ਇਸ ਦੇ ਨਾਲ ਹੀ ਸ਼ਹਿਰ ਦੇ ਹਰ ਨੁੱਕਰ ਤੱਕ ਪਾਣੀ ਪਹੁੰਚਾਉਣ ਲਈ ਕਰੀਬ 20 ਕਿਲੋਮੀਟਰ ਨਵੀਂ ਪਾਇਪ ਲਾਈਨ ਵੀ ਵਿਛਾਈ ਜਾਵੇਗੀ।

ਉਨ੍ਹਾਂ ਨੇ ਹੋਰ ਦੱਸਿਆ ਕਿ ਇਸ ਯੋਜਨਾ ਤਹਿਤ ਲਗਭਗ 3000 ਘਰਾਂ ਨੂੰ ਨਵੇਂ ਹਾਊਸ ਕਨੈਕਸ਼ਨ ਮੁਹੱਈਆ ਕਰਵਾਏ ਜਾਣਗੇ, ਜਿਸ ਨਾਲ ਲੋਕਾਂ ਨੂੰ ਸਾਫ਼ ਅਤੇ ਪੂਰੀ ਮਾਤਰਾ ਵਿੱਚ ਪੀਣ ਵਾਲਾ ਪਾਣੀ ਮਿਲੇਗਾ।

ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਪ੍ਰੋਜੈਕਟ ਇੱਕ ਸਾਲ ਦੇ ਅੰਦਰ ਪੂਰਾ ਕਰਨ ਦਾ ਟੀਚਾ ਰੱਖਿਆ ਗਿਆ ਹੈ ਅਤੇ ਇਸ ਨਾਲ ਮਲੋਟ ਦੇ ਨਿਵਾਸੀਆਂ ਨੂੰ ਪਾਣੀ ਦੀ ਸਮੱਸਿਆ ਤੋਂ ਵੱਡੀ ਰਾਹਤ ਮਿਲੇਗੀ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ।

ਹਰਦੀਪ ਸਿੰਘ ਮੁੰਡੀਆਂ ਨੇ 14 ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਸੌਂਪੇ

ਕਿਹਾ, ਮਾਨ ਸਰਕਾਰ ਹਰ ਵਰਗ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ

ਚੰਡੀਗੜ੍ਹ, 24 ਮਾਰਚ :

ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇਥੇ ਪੰਜਾਬ ਭਵਨ ਵਿਖੇ ਵਿਭਾਗ ਵਿੱਚ ਤਰਸ ਦੇ ਅਧਾਰ ‘ਤੇ 14 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ।

ਵਿਭਾਗ ਵਿੱਚ ਸ਼ਾਮਲ ਹੋਏ ਨਵੇਂ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਵਿਭਾਗ ਵਿੱਚ ਗਰੁੱਪ ‘ਸੀ’ ਅਤੇ ‘ਡੀ’ ਦੀਆਂ ਇਹ ਨਿਯੁਕਤੀਆਂ ਸੂਬਾ ਸਰਕਾਰ ਦੀ ਨੀਤੀ ਤਹਿਤ ਕੀਤੀਆਂ ਗਈਆਂ ਹਨ, ਜੋ ਪ੍ਰਭਾਵਿਤ ਪਰਿਵਾਰਾਂ ਨੂੰ ਸਹਾਇਤਾ ਦੇਣ ਅਤੇ ਇਨ੍ਹਾਂ ਪਰਿਵਾਰਾਂ ਦੇ ਯੋਗ ਆਸ਼ਰਿਤਾਂ ਨੂੰ ਸਮੇਂ ਸਿਰ ਰੁਜ਼ਗਾਰ ਮੁਹੱਈਆ ਕਰਵਾਉਣ ’ਤੇ ਆਧਾਰਤ ਹੈ।

ਉਨ੍ਹਾਂ ਦੱਸਿਆ ਕਿ ਕੁੱਲ 14 ਉਮੀਦਵਾਰਾਂ ਵਿੱਚੋਂ ਦੋ ਨੂੰ ਕਲਰਕ, 9 ਨੂੰ ਸੇਵਾਦਾਰ, ਇੱਕ ਨੂੰ ਸਹਾਇਕ ਸੇਵਾਦਾਰ, ਇੱਕ ਨੂੰ ਜੂਨੀਅਰ ਟੈਕਨੀਸ਼ੀਅਨ ਅਤੇ ਇੱਕ ਨੂੰ ਸਹਾਇਕ (ਤਕਨੀਕੀ) ਵਜੋਂ ਨਿਯੁਕਤ ਕੀਤਾ ਗਿਆ ਹੈ।

ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਦ੍ਰਿੜ੍ਹਤਾ ਨਾਲ ਵਚਨਬੱਧ ਹੈ ਅਤੇ ਸਮੁੱਚਿਤ ਵਿਕਾਸ ਲਈ ਨਿਰੰਤਰ ਕੰਮ ਕਰ ਰਹੀ ਹੈ।

ਨਿਯੁਕਤੀ ਪੱਤਰਾਂ ਦੀ ਵੰਡ ’ਤੇ ਤਸੱਲੀ ਪ੍ਰਗਟਾਉਂਦਿਆਂ ਉਨ੍ਹਾਂ ਕਿਹਾ ਕਿ ਇਹ ਉਮੀਦਵਾਰ ਸੂਬੇ ਦੀ ਤਰੱਕੀ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਨਵ-ਨਿਯੁਕਤ ਉਮੀਦਵਾਰਾਂ ਨੂੰ ਇਮਾਨਦਾਰੀ, ਸਮਰਪਣ ਅਤੇ ਤਨਦੇਹੀ ਨਾਲ ਆਪਣੇ ਫ਼ਰਜ਼ ਨਿਭਾਉਣ ਦੀ ਅਪੀਲ ਕੀਤੀ।

ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਨੇ ਰੁਜ਼ਗਾਰ ਦੇ ਕੇ ਆਪਣੀ ਜ਼ਿੰਮੇਵਾਰੀ ਨਿਭਾਅ ਦਿੱਤੀ ਹੈ, ਹੁਣ ਇਨ੍ਹਾਂ ਨਵ-ਨਿਯੁਕਤ ਉਮੀਦਵਾਰਾਂ ਦਾ ਫ਼ਰਜ਼ ਬਣਦਾ ਹੈ ਕਿ ਉਹ ਲੋਕਾਂ ਦੀਆਂ ਉਮੀਦਾਂ ’ਤੇ ਖਰੇ ਉਤਰਨ ਅਤੇ ਇਮਾਨਦਾਰੀ ਨਾਲ ਕੰਮ ਕਰਨ।

ਇਸ ਮੌਕੇ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਨੀਲਕੰਠ ਐਸ. ਅਵਹਦ, ਵਿਭਾਗ ਮੁਖੀ ਮੈਡਮ ਸਈਦ ਸਹਿਰੀਸ਼ ਅਸਗਰ ਅਤੇ ਹੋਰ ਅਧਿਕਾਰੀ ਮੌਜੂਦ ਸਨ।

ਪੰਜਾਬ ਮੰਤਰੀ ਮੰਡਲ ’ਚ ਫੇਰਬਦਲ

ਚੰਡੀਗੜ੍ਹ, 24 ਮਾਰਚ :

ਪੰਜਾਬ ਮੰਤਰੀ ਮੰਡਲ ਵਿਚ ਵੱਡਾ ਫੇਰਬਦਲ ਕੀਤਾ ਗਿਆ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਡਾ. ਰਵਜੋਤ ਸਿੰਘ ਨੂੰ ਇਕ ਇਕ ਹੋਰ ਵਿਭਾਗ ਦਿੱਤੇ ਗਏ ਹਨ। ਹਰਪਾਲ ਸਿੰਘ ਚੀਮਾ ਨੂੰ ਟਰਾਂਸਪੋਰਟ ਵਿਭਾਗ ਅਤੇ ਡਾ. ਰਵਜੋਤ ਸਿੰਘ ਨੂੰ ਜੇਲ੍ਹ ਵਿਭਾਗ ਦਿੱਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਦੇ ਡੀਐਮ ਰੰਧਾਵਾ ਵੱਲੋਂ ਲਾਲਜੀਤ ਸਿੰਘ ਭੁੱਲਰ ਉਤੇ ਗੰਭੀਰ ਦੋਸ਼ ਲਗਾਉਂਦੇ ਹੋਏ ਖੁਦਕੁਸ਼ੀ ਕਰ ਲਈ ਸੀ। ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਲਾਲਜੀਤ ਸਿੰਘ ਭੁੱਲਰ ਤੋਂ ਅਸਤੀਫਾ ਲੈ ਲਿਆ ਸੀ। ਟਰਾਂਸਪੋਰਟ ਅਤੇ ਜੇਲ੍ਹ ਵਿਭਾਗ ਲਾਲਜੀਤ ਸਿੰਘ ਭੁੱਲਰ ਕੋਲ ਸਨ। ਇਸ ਤੋਂ ਬਾਅਦ ਹੁਣ ਇਹ ਦੋਵੇਂ ਵਿਭਾਗ ਇਨ੍ਹਾਂ ਮੰਤਰੀਆਂ ਨੂੰ ਦਿੱਤੇ ਗਏ ਹਨ।

ਧਰਮ ਪਰਿਵਰਤਨ ‘ਤੇ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ

ਨਵੀਂ ਦਿੱਲੀ, 24 ਮਾਰਚ :

ਸੁਪਰੀਮ ਕੋਰਟ ਨੇ SC/ST (ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਜਨਜਾਤੀਆਂ) ਮਾਮਲੇ ਵਿੱਚ ਇੱਕ ਮਹੱਤਵਪੂਰਨ ਫੈਸਲਾ ਸੁਣਾਇਆ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਜੇਕਰ ਕੋਈ ਵਿਅਕਤੀ ਈਸਾਈ ਧਰਮ ਅਪਣਾਉਂਦਾ ਹੈ ਤਾਂ ਉਹ ਅਨੁਸੂਚਿਤ ਜਾਤੀ ਦਾ ਮੈਂਬਰ ਨਹੀਂ ਰਹਿ ਸਕਦਾ। ਜਸਟਿਸ ਪੀਕੇ ਮਿਸ਼ਰਾ ਅਤੇ ਐਨਵੀ ਅੰਜਾਰੀਆ ਦੀ ਬੈਂਚ ਮੰਗਲਵਾਰ ਨੂੰ ਇਸ ਮਾਮਲੇ ਦੀ ਸੁਣਵਾਈ ਕਰ ਰਹੀ ਸੀ। ਸਵਾਲ ਇਹ ਸੀ ਕਿ ਕੀ ਹਿੰਦੂ ਧਰਮ ਤੋਂ ਈਸਾਈ ਧਰਮ ਅਪਣਾਉਣ ਵਾਲਾ ਵਿਅਕਤੀ SC/ST ਐਕਟ ਤਹਿਤ ਅਨੁਸੂਚਿਤ ਜਾਤੀ ਦਾ ਦਰਜਾ ਪ੍ਰਾਪਤ ਕਰ ਸਕਦਾ ਹੈ?

ਸੁਪਰੀਮ ਕੋਰਟ ਨੇ ਆਂਧਰਾ ਪ੍ਰਦੇਸ਼ ਹਾਈ ਕੋਰਟ ਦੇ ਇੱਕ ਹੁਕਮ ਨੂੰ ਬਰਕਰਾਰ ਰੱਖਿਆ ਹੈ। ਬਾਰ ਐਂਡ ਬੈਂਚ ਦੇ ਅਨੁਸਾਰ, ਸੁਪਰੀਮ ਕੋਰਟ ਨੇ ਕਿਹਾ ਕਿ ਜੋ ਵਿਅਕਤੀ ਹਿੰਦੂ ਧਰਮ, ਸਿੱਖ ਧਰਮ ਜਾਂ ਬੁੱਧ ਧਰਮ ਤੋਂ ਇਲਾਵਾ ਕਿਸੇ ਹੋਰ ਧਰਮ ਦਾ ਦਾਅਵਾ ਕਰਦਾ ਹੈ, ਉਹ ਅਨੁਸੂਚਿਤ ਜਾਤੀ (SC) ਦਾ ਮੈਂਬਰ ਨਹੀਂ ਹੋ ਸਕਦਾ। ਕਿਸੇ ਹੋਰ ਧਰਮ ਵਿੱਚ ਪਰਿਵਰਤਨ ਦੇ ਨਤੀਜੇ ਵਜੋਂ ਅਨੁਸੂਚਿਤ ਜਾਤੀ ਦਾ ਦਰਜਾ ਖਤਮ ਹੋ ਜਾਂਦਾ ਹੈ । ਲਾਈਵ ਲਾਅ ਦੇ ਅਨੁਸਾਰ, 30 ਅਪ੍ਰੈਲ, 2025 ਦੇ ਇੱਕ ਆਦੇਸ਼ ਵਿੱਚ, ਆਂਧਰਾ ਪ੍ਰਦੇਸ਼ ਹਾਈ ਕੋਰਟ ਨੇ ਕਿਹਾ ਸੀ ਕਿ ਜਾਤੀ ਪ੍ਰਣਾਲੀ ਦਾ ਈਸਾਈ ਧਰਮ ਵਿੱਚ ਕੋਈ ਸਥਾਨ ਨਹੀਂ ਹੈ। ਇਸ ਲਈ, ਈਸਾਈ ਧਰਮ ਅਪਣਾਉਣ ਵਾਲਾ ਵਿਅਕਤੀ ਐਸਸੀ/ਐਸਟੀ ਐਕਟ ਦੇ ਉਪਬੰਧਾਂ ਨੂੰ ਲਾਗੂ ਨਹੀਂ ਕਰ ਸਕਦਾ।

40 ਸਾਲਾਂ ਬਾਅਦ ਪੰਜਾਬ ਵਿੱਚ ਹੋਵੇਗੀ ਰਾਸ਼ਟਰੀ ਬੈਡਮਿੰਟਨ ਚੈਂਪੀਅਨਸ਼ਿਪ


33 ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ 350 ਖਿਡਾਰੀ ਲੈਣਗੇ ਹਿੱਸਾ

ਆਯੋਜਨ ਨਾਲ ਪੰਜਾਬ ਦੇ ਉਭਰਦੇ ਖਿਡਾਰੀਆਂ ਨੂੰ ਵੱਡਾ ਫਾਇਦਾ ਮਿਲੇਗਾ : ਰਿਤਿਨ ਖੰਨਾ

ਜਲੰਧਰ :

ਪੰਜਾਬ ਵਿੱਚ ਬੈਡਮਿੰਟਨ ਨੂੰ ਵੱਡਾ ਬੜ੍ਹਾਵਾ ਮਿਲਣ ਜਾ ਰਿਹਾ ਹੈ, ਕਿਉਂਕਿ ਰਾਜ 40 ਸਾਲਾਂ ਬਾਅਦ ਰਾਸ਼ਟਰੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਕਰਨ ਜਾ ਰਿਹਾ ਹੈ। ਬੈਡਮਿੰਟਨ ਐਸੋਸੀਏਸ਼ਨ ਆਫ ਇੰਡੀਆ (ਬੀਏਆਈ) ਨੇ 38ਵੀਂ ਸਬ-ਜੂਨੀਅਰ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਪੰਜਾਬ ਨੂੰ ਸੌਂਪੀ ਹੈ।

ਜਾਣਕਾਰੀ ਦਿੰਦੇ ਹੋਏ ਪੰਜਾਬ ਬੈਡਮਿੰਟਨ ਐਸੋਸੀਏਸ਼ਨ ਦੇ ਸਕੱਤਰ ਰਿਤਿਨ ਖੰਨਾ ਨੇ ਦੱਸਿਆ ਕਿ ਇਹ ਚੈਂਪੀਅਨਸ਼ਿਪ 9 ਤੋਂ 12 ਦਸੰਬਰ 2026 ਤੱਕ ਰਾਇਜ਼ਾਦਾ ਹੰਸਰਾਜ ਬੈਡਮਿੰਟਨ ਸਟੇਡੀਅਮ, ਜਲੰਧਰ ਵਿੱਚ ਕਰਵਾਈ ਜਾਵੇਗੀ। ਇਸ ਵਿੱਚ 33 ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਲਗਭਗ 350 ਖਿਡਾਰੀ ਹਿੱਸਾ ਲੈਣਗੇ। ਪੰਜਾਬ ਵਿੱਚ ਇਸ ਤੋਂ ਪਹਿਲਾਂ ਰਾਸ਼ਟਰੀ ਬੈਡਮਿੰਟਨ ਚੈਂਪੀਅਨਸ਼ਿਪ 1987 ਵਿੱਚ ਜਲੰਧਰ ਵਿੱਚ ਹੀ ਹੋਈ ਸੀ।

ਖੰਨਾ ਨੇ ਦੱਸਿਆ ਕਿ ਪੀਬੀਏ ਲਗਾਤਾਰ ਬੀਏਆਈ ਨਾਲ ਸੰਪਰਕ ਵਿੱਚ ਸੀ ਅਤੇ ਸਟੇਡੀਅਮ ਦੀਆਂ ਵਧੀਆ ਸੁਵਿਧਾਵਾਂ ਦੇ ਨਿਰੀਖਣ ਤੋਂ ਬਾਅਦ ਹੀ ਮੇਜ਼ਬਾਨੀ ਦਾ ਹੱਕ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਜੇਤੂਆਂ ਨੂੰ ਕੁੱਲ 10 ਲੱਖ ਰੁਪਏ ਦਾ ਨਕਦ ਇਨਾਮ ਦਿੱਤਾ ਜਾਵੇਗਾ। ਇਸ ਚੈਂਪੀਅਨਸ਼ਿਪ ਵਿੱਚ ਅੰਡਰ-13 ਲੜਕਿਆਂ ਅਤੇ ਲੜਕੀਆਂ ਦੇ ਸਿੰਗਲਜ਼ ਅਤੇ ਡਬਲਜ਼ ਮੁਕਾਬਲੇ ਹੋਣਗੇ, ਜੋ ਬੀਏਆਈ ਅਧਿਕਾਰੀਆਂ ਦੀ ਨਿਗਰਾਨੀ ਹੇਠ ਕਰਵਾਏ ਜਾਣਗੇ। ਖਿਡਾਰੀਆਂ, ਕੋਚਾਂ, ਮੈਨੇਜਰਾਂ ਅਤੇ ਅਧਿਕਾਰੀਆਂ ਦੇ ਰਹਿਣ ਅਤੇ ਖਾਣ ਦੀ ਵਿਵਸਥਾ ਪੀਬੀਏ ਵੱਲੋਂ ਕੀਤੀ ਜਾਵੇਗੀ।

ਖੰਨਾ ਨੇ ਕਿਹਾ ਕਿ ਇਸ ਆਯੋਜਨ ਨਾਲ ਰਾਜ ਦੇ ਉਭਰਦੇ ਖਿਡਾਰੀਆਂ ਨੂੰ ਵੱਡਾ ਫਾਇਦਾ ਮਿਲੇਗਾ ਅਤੇ ਉਨ੍ਹਾਂ ਨੂੰ ਰਾਸ਼ਟਰੀ ਪੱਧਰ ਦੇ ਖਿਡਾਰੀਆਂ ਨੂੰ ਦੇਖਣ ਅਤੇ ਉਨ੍ਹਾਂ ਨਾਲ ਖੇਡਣ ਦਾ ਮੌਕਾ ਮਿਲੇਗਾ।

ਗੌਰਤਲਬ ਹੈ ਕਿ ਰਾਇਜ਼ਾਦਾ ਹੰਸਰਾਜ ਬੈਡਮਿੰਟਨ ਸਟੇਡੀਅਮ ਵਿੱਚ ਪਿਛਲੇ ਪੰਜ ਸਾਲਾਂ ਵਿੱਚ 1 ਕਰੋੜ ਰੁਪਏ ਦੀ ਲਾਗਤ ਨਾਲ ਵੱਡਾ ਸੁਧਾਰ ਕੀਤਾ ਗਿਆ ਹੈ। ਹੁਣ ਇੱਥੇ 10 ਕੋਰਟ, ਜਿਮ, ਰੈਸਟੋਰੈਂਟ, ਸਪੋਰਟਸ ਸ਼ਾਪ ਅਤੇ ਫਿਜ਼ਿਓਥੈਰੇਪੀ ਸੈਂਟਰ ਦੀਆਂ ਸੁਵਿਧਾਵਾਂ ਉਪਲਬਧ ਹਨ।

ਪੂਰਵ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਵੀ ਸਟੇਡੀਅਮ ਦਾ ਦੌਰਾ ਕਰ ਚੁੱਕੇ ਹਨ ਅਤੇ ਉਨ੍ਹਾਂ ਨੇ ਡੀਬੀਏ, ਜਲੰਧਰ ਦੀ ਅੰਤਰਿਮ ਕਮੇਟੀ ਦੇ ਕੰਮ ਦੀ ਸਰਾਹਨਾ ਕੀਤੀ ਸੀ।

ਦੱਸਣਯੋਗ ਹੈ ਕਿ ਰਿਤਿਨ ਖੰਨਾ, ਜੋ ਪੂਰਵ ਰਾਸ਼ਟਰੀ ਖਿਡਾਰੀ ਵੀ ਰਹੇ ਹਨ, ਨੂੰ ਖੇਡ ਵਿੱਚ ਉਨ੍ਹਾਂ ਦੇ ਯੋਗਦਾਨ ਲਈ ਪੰਜਾਬ ਦੇ ਰਾਜਪਾਲ ਵੱਲੋਂ ਸਨਮਾਨਿਤ ਕੀਤਾ ਜਾ ਚੁੱਕਾ ਹੈ।

ਪ੍ਰਮੁੱਖ ਜ਼ਿਲ੍ਹਿਆਂ ਤੋਂ OTS ਸਕੀਮ ਤਹਿਤ 111.16 ਕਰੋੜ ਰੁਪਏ ਦੀ ਪ੍ਰਾਪਤੀ ਨਾਲ ਮਾਨ ਸਰਕਾਰ ‘ਚ ਕਾਰੋਬਾਰੀਆਂ ਦਾ ਭਰੋਸਾ ਹੋਇਆ ਪ੍ਰਤੱਖ

ਚੰਡੀਗੜ੍ਹ, 23 ਮਾਰਚ :

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਵੈਟ ਬਕਾਏ ਲਈ ਯਕਮੁਸ਼ਤ ਨਿਪਟਾਰਾ (ਓ.ਟੀ.ਐਸ.) ਸਕੀਮ ਨੂੰ ਭਾਰੀ ਹੁੰਗਾਰਾ ਮਿਲਿਆ ਹੈ, ਜਿਸ ਤਹਿਤ ਲਗਭਗ 298.39 ਕਰੋੜ ਰੁਪਏ ਦੇ ਬਕਾਏ ਵਾਲੀਆਂ 7,845 ਅਰਜ਼ੀਆਂ ਪ੍ਰਾਪਤ ਹੋਈਆਂ ਹਨ ਅਤੇ 111.16 ਕਰੋੜ ਪ੍ਰਾਪਤ ਕੀਤੇ ਜਾ ਚੁੱਕੇ ਹਨ। ਪੁਰਾਣੇ ਟੈਕਸ ਬੋਝ ਨੂੰ ਖਤਮ ਕਰਨ ਦੇ ਨਾਲ-ਨਾਲ ਮਾਲੀਏ ਨੂੰ ਹੁਲਾਰਾ ਦੇਣ ਲਈ ਇਸ ਨੂੰ ਇੱਕ ਫੈਸਲਾਕੁੰਨ ਕਦਮ ਦੱਸਦਿਆਂ, ਵਿੱਤ ਮੰਤਰੀ ਨੇ ਚੇਤਾਵਨੀ ਦਿੱਤੀ ਕਿ ਇਸ ਰਾਹਤ ਦੀ ਸਮਾਂ ਸੀਮਾ 31 ਮਾਰਚ ਤੱਕ ਹੈ, ਜਿਸ ਤੋਂ ਬਾਅਦ ਸਰਕਾਰ ਸਖ਼ਤ ਵਸੂਲੀ ਦੇ ਮੋਡ ਵਿੱਚ ਆ ਜਾਵੇਗੀ, ਅਤੇ ਇਸ ਕਾਰਵਾਈ ਲਈ ਲਗਭਗ 8,000 ਜਾਇਦਾਦਾਂ ਦੀ ਪਹਿਲਾਂ ਹੀ ਪਛਾਣ ਕੀਤੀ ਜਾ ਚੁੱਕੀ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਇਸ ਸਕੀਮ ਨਾਲ ਪਹਿਲਾਂ ਹੀ ਕੁੱਲ 111.16 ਕਰੋੜ ਰੁਪਏ ਦੀ ਪ੍ਰਾਪਤੀ ਹੋ ਚੁੱਕੀ ਹੈ। ਲੁਧਿਆਣਾ, ਅੰਮ੍ਰਿਤਸਰ, ਜਲੰਧਰ, ਪਟਿਆਲਾ ਅਤੇ ਰੋਪੜ ਡਿਵੀਜ਼ਨਾਂ ਦੀ ਸਰਗਰਮ ਸ਼ਮੂਲੀਅਤ ਸ਼ਲਾਘਾਯੋਗ ਹੈ। ਇਨ੍ਹਾਂ ਪ੍ਰਮੁੱਖ ਜ਼ਿਲ੍ਹਿਆਂ ਤੋਂ ਮਿਲਿਆ ਭਰਵਾਂ ਹੁੰਗਾਰਾ ਸਕੀਮ ਦੇ ਵੱਡੇ ਵਿੱਤੀ ਲਾਭਾਂ ਬਾਰੇ ਵੱਧ ਰਹੀ ਜਾਗਰੂਕਤਾ ਨੂੰ ਦਰਸਾਉਂਦਾ ਹੈ।”

ਇੱਕ ਜ਼ੋਰਦਾਰ ਅਪੀਲ ਜਾਰੀ ਕਰਦਿਆਂ ਉਨ੍ਹਾਂ ਕਿਹਾ, “ਕਿਉਂਕਿ ਇਹ ਸਕੀਮ 31 ਮਾਰਚ, 2026 ਨੂੰ ਆਪਣੇ ਅੰਤਿਮ ਪੜਾਅ ‘ਤੇ ਪਹੁੰਚ ਰਹੀ ਹੈ, ਇਸ ਲਈ ਸਾਰੇ ਯੋਗ ਟੈਕਸਦਾਤਾਵਾਂ ਨੂੰ ਅੱਗੇ ਆਉਣਾ ਚਾਹੀਦਾ ਹੈ ਅਤੇ ਸੂਬੇ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਕਾਰੋਬਾਰੀਆਂ ਨੂੰ ਓ.ਟੀ.ਐਸ. ਖਿੜਕੀ ਪੱਕੇ ਤੌਰ ‘ਤੇ ਬੰਦ ਹੋਣ ਤੋਂ ਪਹਿਲਾਂ ਲੰਬਿਤ ਵੈਟ ਬਕਾਏ ਹੱਲ ਕਰਨ ਅਤੇ ਸੂਬੇ ਦੇ ਟੈਕਸ ਢਾਂਚੇ ਨਾਲ ਸਹਿਜੇ ਹੀ ਜੁੜਨ ਦੇ ਇਸ ਆਖਰੀ ਮੌਕੇ ਨੂੰ ਨਹੀਂ ਗੁਆਉਣਾ ਚਾਹੀਦਾ। ਇਸ ਸਕੀਮ ਤਹਿਤ ਦਿੱਤੀ ਗਈ ਬੇਮਿਸਾਲ ਨਰਮੀ ਅਤੇ ਵੱਡੀਆਂ ਛੋਟਾਂ ਪੂਰੀ ਤਰ੍ਹਾਂ ਸਮਾਂਬੱਧ ਹਨ।”

ਟੈਕਸਦਾਤਾਵਾਂ ਨੂੰ ਇਸ ਆਖਰੀ ਮੌਕੇ ਦਾ ਲਾਭ ਉਠਾਉਣ ਲਈ ਉਤਸ਼ਾਹਿਤ ਕਰਦਿਆਂ, ਵਿੱਤ ਮੰਤਰੀ ਨੇ ਸੁਚੇਤ ਕੀਤਾ, “ਸਮਾਂ ਸੀਮਾ ਖਤਮ ਹੋਣ ਤੋਂ ਬਾਅਦ ਸੂਬਾ ਸਰਕਾਰ ਦਾ ਮੌਜੂਦਾ ਸਹੂਲਤਾਂ ਅਤੇ ਛੋਟਾਂ ਵਾਲਾ ਰਵੱਈਆ ਕੁਦਰਤੀ ਤੌਰ ‘ਤੇ ਸਖ਼ਤ ਕਾਨੂੰਨੀ ਪਾਲਣਾ ਅਤੇ ਬਿਨਾਂ ਸਮਝੌਤੇ ਵਾਲੇ ਵਸੂਲੀ ਪ੍ਰੋਟੋਕੋਲ ਵਿੱਚ ਬਦਲ ਜਾਵੇਗਾ, ਜਿਸ ਨਾਲ ਨਿਪਟਾਰੇ ਵਾਲੇ ਰਹਿ ਗਏ ਪੁਰਾਣੇ ਖਾਤੇ ਬਿਨਾਂ ਕਿਸੇ ਛੋਟ ਦੇ ਆਮ ਕਾਨੂੰਨੀ ਜਾਂਚ ਦੇ ਘੇਰੇ ਵਿੱਚ ਆ ਜਾਣਗੇ।”

ਵਿੱਤ ਮੰਤਰੀ ਨੇ ਅੱਗੇ ਕਿਹਾ ਕਿ 31 ਮਾਰਚ 2026 ਤੋਂ ਬਾਅਦ, ਜਿਨ੍ਹਾਂ ਮਾਮਲਿਆਂ ਵਿੱਚ ਬਕਾਏ ਅਦਾ ਨਹੀਂ ਕੀਤੇ ਗਏ ਹਨ, ਉਨ੍ਹਾਂ ਵਿੱਚ ਕਾਨੂੰਨ ਦੀਆਂ ਵਿਵਸਥਾਵਾਂ ਅਨੁਸਾਰ ਵਸੂਲੀ ਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾ ਕਿਹਾ ਕਿ ਤਿਆਰੀ ਦੇ ਹਿੱਸੇ ਵਜੋਂ, ਜਿੱਥੇ ਵੀ ਜ਼ਰੂਰੀ ਹੋਵੇ, ਲੋੜੀਂਦੀ ਕਾਰਵਾਈ ਲਈ ਲਗਭਗ 8,000 ਜਾਇਦਾਦਾਂ ਦੀ ਪਹਿਲਾਂ ਹੀ ਪਛਾਣ ਕੀਤੀ ਜਾ ਚੁੱਕੀ ਹੈ।

ਇਸ ਉਪਰਾਲੇ ਪਿੱਛੇ ਮੁੱਖ ਉਦੇਸ਼ ‘ਤੇ ਜ਼ੋਰ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਓ.ਟੀ.ਐੱਸ. ਸਕੀਮ ਨੂੰ ਮਿਲਿਆ ਭਰਵਾਂ ਹੁੰਗਾਰਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਪਾਰਦਰਸ਼ੀ ਅਤੇ ਵਪਾਰ-ਪੱਖੀ ਨੀਤੀਆਂ ਵਿੱਚ ਕਰਦਾਤਾਵਾਂ ਦੇ ਭਰੋਸੇ ਨੂੰ ਦਰਸਾਉਂਦਾ ਹੈ। ਇਸ ਉਪਰਾਲੇ ਦਾ ਉਦੇਸ਼ ਰਾਹਤ ਪ੍ਰਦਾਨ ਕਰਨਾ, ਮੁਕੱਦਮੇਬਾਜ਼ੀ ਨੂੰ ਘਟਾਉਣਾ ਅਤੇ ਸੂਬੇ ਦੀ ਮਾਲੀਆ ਪ੍ਰਣਾਲੀ ਨੂੰ ਮਜ਼ਬੂਤ ਕਰਨਾ ਹੈ।” ਉਨ੍ਹਾਂ ਅੱਗੇ ਦੱਸਿਆ ਕਿ ਸਰਕਾਰ ਵੱਲੋਂ ਇਹ ਸਕੀਮ ਖਾਸ ਤੌਰ ‘ਤੇ ਪੁਰਾਣੀਆਂ ਵੈਟ ਦੇਣਦਾਰੀਆਂ ਦਾ ਵਿਆਜ ਅਤੇ ਜੁਰਮਾਨੇ ਵਿੱਚ ਭਾਰੀ ਛੋਟ ਨਾਲ ਨਿਪਟਾਰਾ ਕਰਨ ਦਾ ਸੁਨਹਿਰੀ ਮੌਕਾ ਦੇਣ ਲਈ ਤਿਆਰ ਕੀਤੀ ਗਈ, ਤਾਂ ਜੋ ਕਾਰੋਬਾਰੀਆਂ ਨੂੰ ਸਾਫ਼-ਸੁਥਰੇ ਵਿੱਤੀ ਖਾਤੇ ਨਾਲ ਨਵੀਂ ਸ਼ੁਰੂਆਤ ਕਰਨ ਦੇ ਯੋਗ ਬਣਾਇਆ ਜਾ ਸਕੇ।

ਪਿਛਲੀਆਂ ਸਰਕਾਰਾਂ ਦੀ ਨਾਕਾਮੀ ਕਾਰਨ ਸੱਭਿਆਚਾਰਕ ਮੇਲੇ ਲੱਗਣੋਂ ਹਟ ਗਏ ਸਨ, ਹੁਣ ‘ਰੰਗਲੇ ਪੰਜਾਬ’ ਦੇ ਰੰਗ ਦਿਸਣ ਲੱਗੇ ਹਨ : CM ਮਾਨ


ਬਠਿੰਡਾ, 23 ਮਾਰਚ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਹਰੇਕ ਖੇਤਰ ਵਿੱਚ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਵੱਡੇ ਯਤਨ ਕਰ ਰਹੀ ਹੈ ਜਿਸ ਨਾਲ ਪੰਜਾਬ ਮੁੜ ‘ਰੰਗਲੇ ਪੰਜਾਬ’ ਵੱਲ ਵਧ ਰਿਹਾ ਹੈ।
ਵਿਰਾਸਤੀ ਮੇਲੇ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਅਣਗਹਿਲੀ ਕਾਰਨ ਅਜਿਹੇ ਮੇਲੇ ਬੰਦ ਹੋ ਗਏ ਸਨ ਜਦਕਿ ਇਹ ਮੇਲੇ ਸੂਬੇ ਦੇ ਸੱਭਿਆਚਾਰ ਦਾ ਅਨਿੱਖੜਵਾਂ ਅੰਗ ਹਨ। ਉਨ੍ਹਾਂ ਕਿਹਾ, “ਹਾਲਾਂਕਿ, ਹੁਣ ਪੰਜਾਬ ‘ਰੰਗਲੇ ਪੰਜਾਬ’ ਦੇ ਦੌਰ ਵਿੱਚ ਪ੍ਰਵੇਸ਼ ਕਰ ਰਿਹਾ ਹੈ ਕਿਉਂਕਿ ਸੂਬਾ ਸਰਕਾਰ ਵੱਲੋਂ ਹਰ ਖੇਤਰ ਵਿੱਚ ਹਰ ਰੋਜ਼ ਨਵੇਂ ਰੰਗ ਜੋੜੇ ਜਾ ਰਹੇ ਹਨ। ਪੰਜਾਬ ਕਈ ਵਾਰ ਡਿੱਗਿਆ ਹੈ, ਪਰ ਇਹ ਵਾਰ-ਵਾਰ ਉੱਠਿਆ ਵੀ ਹੈ, ਅਤੇ ਇਹ ਖੁਸ਼ੀ ਦੀ ਗੱਲ ਹੈ ਕਿ ਅੱਜ, ਰੰਗਲਾ ਪੰਜਾਬ ਦੇ ਰੰਗ ਇੱਕ ਵਾਰ ਫਿਰ ਦਿਖਾਈ ਦੇ ਰਹੇ ਹਨ।”
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀ ਸ਼ਾਨਦਾਰ ਸੱਭਿਆਚਾਰਕ ਵਿਰਾਸਤ ਨੂੰ ਹਰ ਕੀਮਤ ‘ਤੇ ਕਾਇਮ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਇਸ ਦਿਸ਼ਾ ਵਿੱਚ ਠੋਸ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ, “ਵਿਰਾਸਤੀ ਮੇਲਿਆਂ ਵਿੱਚ ਗਿੱਧਾ ਤੇ ਭੰਗੜਾ ਪੰਜਾਬ ਦੀ ਰੂਹ ਦਾ ਪ੍ਰਗਟਾਵਾ ਕਰਦੇ ਹਨ। ਮੇਰੀ ਬਠਿੰਡਾ ਦੇ ਮੇਲੇ ਵਿੱਚ ਸ਼ਾਮਲ ਹੋਣ ਦੀ ਇੱਛਾ ਸੀ, ਕਿਉਂਕਿ ਇਹ ਸਾਡੇ ਬੱਚਿਆਂ ਨੂੰ ਉਨ੍ਹਾਂ ਦੀ ਵਿਰਾਸਤ ਅਤੇ ਸੱਭਿਆਚਾਰ ਨਾਲ ਜੋੜਨ ਦਾ ਵੱਡਾ ਉਪਰਾਲਾ ਹੈ।” ਨਵੀਆਂ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਅੱਗੇ ਕਿਹਾ, “ਪੰਜਾਬ ਵਿੱਚ ਲੋਕ-ਪੱਖੀ ਅਤੇ ਵਿਕਾਸ-ਮੁਖੀ ਯੋਜਨਾਵਾਂ ਲੋਕਾਂ ਦੇ ਜੀਵਨ ਨੂੰ ਬਿਹਤਰ ਬਣਾ ਰਹੀਆਂ ਹਨ, ਕਿਉਂਕਿ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਨਹਿਰੀ ਪਾਣੀ  ਟੇਲਾਂ ’ਤੇ ਸਥਿਤ ਖੇਤਾਂ ਤੱਕ ਵੀ ਪਹੁੰਚ ਰਿਹਾ ਹੈ।”
ਮੁੱਖ ਮੰਤਰੀ ਨੇ ਕਿਹਾ ਕਿ ਨਹਿਰੀ ਪਾਣੀ ਦੀ ਵਰਤੋਂ ਨੂੰ ਵੱਡਾ ਹੁਲਾਰਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਬਠਿੰਡਾ ਦੇ ਰੇਤਲੇ ਟਿੱਬਿਆਂ ਤੱਕ ਵੀ ਪਾਣੀ ਪਹੁੰਚਾਇਆ ਗਿਆ ਹੈ ਜਦੋਂ ਕਿ ਪੰਜਾਬ ਦੇ ਹਰ ਕੋਨੇ ਵਿੱਚ ਬੁਨਿਆਦੀ ਢਾਂਚੇ ਦਾ ਵੱਡੇ ਪੱਧਰ ‘ਤੇ ਅਪਗ੍ਰੇਡੇਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ, “ਇੱਕ ਹੋਰ ਮਹੱਤਵਪੂਰਨ ਕਦਮ ਵਿੱਚ ਸੂਬੇ ਦੇ ਸਾਰੇ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਗਈ ਹੈ। ਇਸ ਯੋਜਨਾ ਤਹਿਤ ਆਮਦਨ ਦੀਆਂ ਸ਼ਰਤਾਂ ਨੂੰ ਹਟਾ ਦਿੱਤਾ ਗਿਆ ਹੈ, ਅਤੇ ਹੁਣ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਵੀ ਇਸ ਦੇ ਅਧੀਨ ਸ਼ਾਮਲ ਕੀਤਾ ਗਿਆ ਹੈ।”  
ਸਿਹਤ ਸੰਭਾਲ ਅਤੇ ਬਿਜਲੀ ਖੇਤਰ ਦੇ ਸੁਧਾਰਾਂ ‘ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਾਰੇ ਨਾਗਰਿਕਾਂ ਨੂੰ ਮੁਫ਼ਤ ਸਿਹਤ ਸੰਭਾਲ ਪ੍ਰਦਾਨ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ, ਅਤੇ 881 ਆਮ ਆਦਮੀ ਕਲੀਨਿਕ ਰੋਜ਼ਾਨਾ ਮੁਫ਼ਤ ਇਲਾਜ ਪ੍ਰਦਾਨ ਕਰ ਰਹੇ ਹਨ।” ਉਨ੍ਹਾਂ ਅੱਗੇ ਕਿਹਾ, “2022 ਵਿੱਚ ‘ਆਪ’ ਸਰਕਾਰ ਦੇ ਸੱਤਾ ਸੰਭਾਲਣ ਤੋਂ ਬਾਅਦ ਸੂਬੇ ਦੇ ਲਗਭਗ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ। ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਝੋਨੇ ਦੇ ਸੀਜ਼ਨ ਦੌਰਾਨ ਖੇਤਾਂ ਦੇ ਟਿਊਬਵੈਲਾਂ ਨੂੰ ਅੱਠ ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਸਪਲਾਈ ਕੀਤੀ ਜਾ ਰਹੀ ਹੈ ਅਤੇ ਬਿਜਲੀ ਵੀ ਦਿਨ ਵੇਲੇ ਦਿੱਤੀ ਜਾ ਰਹੀ ਹੈ।”
ਸਮਾਜਿਕ ਚੁਣੌਤੀਆਂ ਨਾਲ ਨਜਿੱਠਣ ਲਈ ਖੇਡਾਂ ਦੀ ਮਹੱਤਤਾ ਨੂੰ ਉਜਾਗਰ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਨਸ਼ਿਆਂ ਵਿਰੁੱਧ ਸੂਬਾ ਸਰਕਾਰ ਦੀ ਮੁਹਿੰਮ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨਾ ਸਭ ਤੋਂ ਕਾਰਗਰ ਸਾਧਨ ਹੋ ਸਕਦਾ ਹੈ ਅਤੇ ਅਸੀਂ ਇਸ ਲਈ ਕੋਈ ਕਸਰ ਨਹੀਂ ਛੱਡ ਰਹੇ ਹਾਂ। ਖੇਡਾਂ ਵਿੱਚ ਸ਼ਾਮਲ ਨੌਜਵਾਨਾਂ ਕੋਲ ਨਸ਼ਿਆਂ ਵੱਲ ਦੇਖਣ ਦਾ ਵੀ ਸਮਾਂ ਨਹੀਂ ਹੁੰਦਾ ਕਿਉਂਕਿ ਉਹ ਆਪੋ-ਆਪਣੇ ਖੇਤਰਾਂ ਵਿੱਚ ਬੁੰਲਦੀ ਛੂਹਣ ‘ਤੇ ਧਿਆਨ ਦਿੰਦੇ ਹਨ।” ਉਨ੍ਹਾਂ ਅੱਗੇ ਕਿਹਾ, “ਖੇਡਾਂ ਵਤਨ ਪੰਜਾਬ ਦੀਆਂ ਹਰ ਸਾਲ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਮੰਚ ਪ੍ਰਦਾਨ ਕਰਦੀਆਂ ਹਨ।”
ਉਨ੍ਹਾਂ ਅੱਗੇ ਕਿਹਾ, “ਖੇਡਾਂ ਵਤਨ ਪੰਜਾਬ ਦੀਆਂ ਬਠਿੰਡਾ ਵਿੱਚ ਵੀ ਕਰਵਾਈਆਂ ਗਈਆਂ ਸਨ ਅਤੇ ਇਹ ਖੁਸ਼ੀ ਦੀ ਗੱਲ ਹੈ ਕਿ ਤਿੰਨ-ਤਿੰਨ ਪੀੜ੍ਹੀਆਂ ਨੇ ਇਕੱਠੇ ਹਿੱਸਾ ਲਿਆ। ‘ਆਪ’ ਸਰਕਾਰ ਨਵੇਂ ਖੇਡ ਮੈਦਾਨ ਬਣਾ ਰਹੀ ਹੈ ਤਾਂ ਜੋ ਨੌਜਵਾਨ ਨਸ਼ਿਆਂ ਅਤੇ ਹੋਰ ਬੁਰਾਈਆਂ ਤੋਂ ਦੂਰ ਰਹਿਣ। ਇਨ੍ਹਾਂ ਖੇਡਾਂ ਨੇ ਸਾਨੂੰ ਖਿਡਾਰੀਆਂ ਦੀਆਂ ਸ਼ਕਤੀਆਂ ਅਤੇ ਕਮਜ਼ੋਰੀਆਂ ਦੀ ਪਛਾਣ ਕਰਨ ਵਿੱਚ ਮਦਦ ਕੀਤੀ ਹੈ, ਜੋ ਉਨ੍ਹਾਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਸਮਾਗਮਾਂ ਲਈ ਤਿਆਰ ਕਰਨ ਵਿੱਚ ਮਦਦ ਕਰੇਗੀ।”
ਨਸ਼ਿਆਂ ਵਿਰੁੱਧ ਮੁਹਿੰਮ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਯੁੱਧ ਨਸ਼ਿਆਂ ਵਿਰੁੱਧ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸ਼ੁਰੂ ਕੀਤੀ ਗਈ ਵੱਡੀ ਮੁਹਿੰਮ ਹੈ। ਇਹ ਸੂਬੇ ਵਿੱਚ ਨਸ਼ਿਆਂ ਦੇ ਨੈੱਟਵਰਕ ‘ਤੇ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ ਹੈ। ਪਿਛਲੀਆਂ ਸਰਕਾਰਾਂ ਨੇ ਨਸ਼ਿਆਂ ਦੇ ਕਾਰੋਬਾਰ ਨੂੰ ਸਰਪ੍ਰਸਤੀ ਦਿੱਤੀ, ਪੀੜ੍ਹੀਆਂ ਨੂੰ ਬਰਬਾਦ ਕੀਤਾ, ਪਰ ਪੰਜਾਬ ਸਰਕਾਰ ਨੇ ਸਪਲਾਈ ਲਾਈਨ ਤੋੜ ਕੇ ਅਤੇ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਪਾ ਕੇ ਇਸ ਨੈੱਟਵਰਕ ਦੀ ਰੀੜ੍ਹ ਦੀ ਹੱਡੀ ਤੋੜ ਦਿੱਤੀ ਹੈ।” ਉਨ੍ਹਾਂ ਅੱਗੇ ਕਿਹਾ, “ਪਹਿਲੀ ਵਾਰ ਨਸ਼ਾ ਤਸਕਰਾਂ ਦੁਆਰਾ ਗੈਰ-ਕਾਨੂੰਨੀ ਤੌਰ ‘ਤੇ ਪ੍ਰਾਪਤ ਕੀਤੀਆਂ ਜਾਇਦਾਦਾਂ ਨੂੰ ਢਾਹਿਆ ਜਾਂ ਜ਼ਬਤ ਕੀਤਾ ਗਿਆ। ਲੋਕਾਂ ਦੇ ਸਹਿਯੋਦ ਨਾਲ ਇਹ ਲੜਾਈ ਲੋਕ ਲਹਿਰ ਬਣ ਗਈ ਹੈ।”
ਸਰਕਾਰ ਦੀ ਵਚਨਬੱਧਤਾ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਕਿਹਾ, “ਰੰਗਲਾ ਪੰਜਾਬ ਬਣਾਉਣ ਲਈ ਪੰਜਾਬ ਨੂੰ ਵਿਕਾਸ ਦੇ ਰਾਹ ‘ਤੇ ਅੱਗੇ ਵਧਾਉਣਾ ਬਹੁਤ ਜ਼ਰੂਰੀ ਹੈ। ਸੱਤਾ ਵਿੱਚ ਆਉਣ ਦੇ ਪਹਿਲੇ ਦਿਨ ਤੋਂ ਹੀ, ਸਾਡੀ ਸਰਕਾਰ ਨੇ ਸੰਪੂਰਨ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ‘ਤੇ ਧਿਆਨ ਕੇਂਦਰਿਤ ਕੀਤਾ ਹੈ। ਹਰ ਖੇਤਰ ਨੂੰ ਵੱਡਾ ਹੁਲਾਰਾ ਦੇਣ ਲਈ ਵਿਸ਼ੇਸ਼ ਯੋਜਨਾ ਤਿਆਰ ਕਰਕੇ ਲਾਗੂ ਕੀਤੀ ਗਈ ਹੈ ਕਿਉਂਕਿ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਸਮੇਂ ਦੀ ਲੋੜ ਸੀ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਇਨ੍ਹਾਂ ਮੇਲਿਆਂ ਦੌਰਾਨ ਲੋਕਾਂ ਦਾ ਉਤਸ਼ਾਹ ਦੱਸਦਾ ਹੈ ਕਿ ਪੰਜਾਬ ਸਰਕਾਰ ਆਪਣੇ ਮਿਸ਼ਨ ਵਿੱਚ ਸਫਲ ਹੋ ਗਈ ਹੈ। ਲੋਕਾਂ ਦੇ ਸਰਗਰਮ ਸਹਿਯੋਗ ਨਾਲ  ਅਸੀਂ ਆਪਣੇ ਮਹਾਨ ਆਜ਼ਾਦੀ ਘੁਲਾਟੀਆਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਲਈ ਵਚਨਬੱਧ ਹਾਂ। ਇਹ ਸ਼ਹੀਦ-ਏ-ਆਜ਼ਮ ਭਗਤ ਸਿੰਘ ਵਰਗੇ ਮਹਾਨ ਨਾਇਕਾਂ ਨੂੰ ਸੱਚੀ ਅਤੇ ਨਿਮਰ ਸ਼ਰਧਾਂਜਲੀ ਹੋਵੇਗੀ, ਜਿਨ੍ਹਾਂ ਨੇ ਦੇਸ਼ ਅਤੇ ਇਸਦੇ ਲੋਕਾਂ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ।”

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ : ਅੱਜ ਦਾ ਹੁਕਮਨਾਮਾ

ਮੁੱਖਵਾਕ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ

23-03-2026

ਧਨਾਸਰੀ ਮਹਲਾ ੧ ॥

ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ ॥ ਸਤਿਗੁਰ ਪੂਛਉ ਜਾਇ ਨਾਮੁ ਧਿਆਇਸਾ ਜੀਉ ॥ ਸਚੁ ਨਾਮੁ ਧਿਆਈ ਸਾਚੁ ਚਵਾਈ ਗੁਰਮੁਖਿ ਸਾਚੁ ਪਛਾਣਾ ॥ ਦੀਨਾ ਨਾਥੁ ਦਇਆਲੁ ਨਿਰੰਜਨੁ ਅਨਦਿਨੁ ਨਾਮੁ ਵਖਾਣਾ ॥ ਕਰਣੀ ਕਾਰ ਧੁਰਹੁ ਫੁਰਮਾਈ ਆਪਿ ਮੁਆ ਮਨੁ ਮਾਰੀ ॥ ਨਾਨਕ ਨਾਮੁ ਮਹਾ ਰਸੁ ਮੀਠਾ ਤ੍ਰਿਸਨਾ ਨਾਮਿ ਨਿਵਾਰੀ ॥੫॥੨॥

ਸੋਮਵਾਰ, ੧੦ ਚੇਤ (ਸੰਮਤ ੫੫੮ ਨਾਨਕਸ਼ਾਹੀ)

(ਅੰਗ: ੬੮੮)

ਪੰਜਾਬੀ ਵਿਆਖਿਆ

ਹੇ ਪ੍ਰਭੂ ਜੀ! ਤੇਰੇ ਨਾਮ ਵਿਚ (ਜੁੜ ਕੇ) ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ, ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ । ਹੇ ਭਾਈ! ਪਰਮਾਤਮਾ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਪ੍ਰਭੂ ਗੁਣਾਂ (ਦਾ ਖ਼ਜ਼ਾਨਾ) ਹੈ ਤੇ ਧਰਤੀ ਦੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ । ਗੁਰੂ ਦਾ ਬਖ਼ਸ਼ਿਆ ਗਿਆਨ ਦੱਸਦਾ ਹੈ ਕਿ ਸਿਰਜਣਹਾਰ ਪ੍ਰਭੂ ਬੇਅੰਤ ਹੈ, ਜਿਸ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ ਇਸ ਨੂੰ ਨਾਸ ਕਰਦਾ ਹੈ । ਜਦੋਂ ਉਸ ਦੇ ਹੁਕਮ ਵਿਚ ਭੇਜਿਆ ਹੋਇਆ (ਮੌਤ ਦਾ) ਸੱਦਾ ਆਉਂਦਾ ਹੈ ਤਾਂ ਕੋਈ ਜੀਵ (ਉਸ ਸੱਦੇ ਨੂੰ) ਮੋੜ ਨਹੀਂ ਸਕਦਾ । ਪਰਮਾਤਮਾ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਆਪ ਹੀ ਸੰਭਾਲ ਕਰਦਾ ਹੈ, ਆਪ ਹੀ ਹਰੇਕ ਜੀਵ ਦੇ ਸਿਰ ਉਤੇ (ਉਸ ਦੇ ਕੀਤੇ ਕਰਮਾਂ ਅਨੁਸਾਰ) ਲੇਖ ਲਿਖਦਾ ਹੈ, ਆਪ ਹੀ (ਜੀਵ ਨੂੰ ਸਹੀ ਜੀਵਨ-ਰਾਹ ਦੀ) ਸੂਝ ਬਖ਼ਸ਼ਦਾ ਹੈ । ਮਾਲਕ-ਪ੍ਰਭੂ ਅਪਹੁੰਚ ਹੈ, ਜੀਵਾਂ ਦੇ ਗਿਆਨ-ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ । ਹੇ ਨਾਨਕ! (ਉਸ ਦੇ ਦਰ ਤੇ ਅਰਦਾਸ ਕਰ, ਤੇ ਆਖ—ਹੇ ਪ੍ਰਭੂ!) ਤੇਰੀ ਸਦਾ ਕਾਇਮ ਰਹਿਣ ਵਾਲੀ ਸਿਫ਼ਤਿ-ਸਾਲਾਹ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ (ਮੈਨੂੰ ਆਪਣੀ ਸਿਫ਼ਤਿ-ਸਾਲਾਹ ਬਖ਼ਸ਼) ।੧।

ਹੇ ਪ੍ਰਭੂ ਜੀ! ਤੇਰੇ ਬਰਾਬਰ ਦਾ ਹੋਰ ਕੋਈ ਨਹੀਂ ਹੈ, (ਹੋਰ ਜੇਹੜਾ ਭੀ ਜਗਤ ਵਿਚ) ਆਇਆ ਹੈ, (ਉਹ ਇਥੋਂ ਆਖ਼ਰ) ਚਲਾ ਜਾਇਗਾ (ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ) । ਜਿਸ ਮਨੁੱਖ ਦੀ ਭਟਕਣਾ (ਗੁਰੂ) ਦੂਰ ਕਰਦਾ ਹੈ, ਪ੍ਰਭੂ ਦੇ ਹੁਕਮ ਅਨੁਸਾਰ ਉਸ ਦੇ ਜਨਮ ਮਰਨ ਦੇ ਗੇੜ ਦਾ ਖ਼ਾਤਮਾ ਹੋ ਜਾਂਦਾ ਹੈ । ਗੁਰੂ ਜਿਸ ਦੀ ਭਟਕਣਾ ਦੂਰ ਕਰਦਾ ਹੈ, ਉਸ ਪਾਸੋਂ ਉਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਾਂਦਾ ਹੈ ਜਿਸ ਦੇ ਗੁਣ ਬਿਆਨ ਤੋਂ ਪਰੇ ਹਨ । ਉਹ ਮਨੁੱਖ ਸਦਾ-ਥਿਰ ਪ੍ਰਭੂ (ਦੀ ਯਾਦ) ਵਿਚ ਰਹਿੰਦਾ ਹੈ, ਸਦਾ-ਥਿਰ ਪ੍ਰਭੂ (ਉਸ ਦੇ ਹਿਰਦੇ ਵਿਚ) ਪਰਗਟ ਹੋ ਜਾਂਦਾ ਹੈ । ਉਹ ਮਨੁੱਖ ਰਜ਼ਾ ਦੇ ਮਾਲਕ-ਪ੍ਰਭੂ ਦਾ ਹੁਕਮ ਪਛਾਣ ਲੈਂਦਾ ਹੈ (ਤੇ ਸਮਝ ਲੈਂਦਾ ਹੈ ਕਿ) ਪ੍ਰਭੂ ਆਪ ਹੀ ਪੈਦਾ ਕਰਦਾ ਹੈ ਤੇ ਆਪ ਹੀ (ਆਪਣੇ ਵਿਚ) ਲੀਨ ਕਰ ਲੈਂਦਾ ਹੈ । ਹੇ ਪ੍ਰਭੂ! ਜਿਸ ਮਨੁੱਖ ਨੇ ਤੇਰੀ ਸਿਫ਼ਤਿ-ਸਾਲਾਹ (ਦੀ ਦਾਤਿ) ਗੁਰੂ ਤੋਂ ਪ੍ਰਾਪਤ ਕਰ ਲਈ ਹੈ, ਤੂੰ ਉਸ ਦੇ ਮਨ ਵਿਚ ਆ ਵੱਸਦਾ ਹੈਂ ਤੇ ਅੰਤ ਸਮੇ ਭੀ ਉਸ ਦਾ ਸਾਥੀ ਬਣਦਾ ਹੈਂ । ਹੇ ਨਾਨਕ! ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਵਰਗਾ ਹੋਰ ਕੋਈ ਨਹੀਂ । (ਉਸ ਦੇ ਦਰ ਤੇ ਅਰਦਾਸ ਕਰ ਤੇ ਆਖ—) ਹੇ ਪ੍ਰਭੂ! ਤੇਰੇ ਨਾਮ ਵਿਚ ਜੁੜਿਆਂ (ਲੋਕ ਪਰਲੋਕ ਵਿਚ) ਆਦਰ ਮਿਲਦਾ ਹੈ ।੨।

ਹੇ ਅਦ੍ਰਿਸ਼ਟ ਰਚਨਹਾਰ! ਤੂੰ ਸਦਾ-ਥਿਰ ਰਹਿਣ ਵਾਲਾ ਹੈਂ ਤੇ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ । ਇਕੋ ਸਿਰਜਣਹਾਰ ਹੀ (ਸਾਰੇ ਜਗਤ ਦਾ) ਮਾਲਕ ਹੈ, ਉਸ ਨੇ (ਜੰਮਣਾ ਤੇ ਮਰਨਾ) ਦੋ ਰਸਤੇ ਚਲਾਏ ਹਨ । (ਉਸੇ ਦੀ ਰਜ਼ਾ ਅਨੁਸਾਰ ਜਗਤ ਵਿਚ) ਝਗੜੇ ਵਧਦੇ ਹਨ । ਦੋਵੇਂ ਰਸਤੇ ਪ੍ਰਭੂ ਨੇ ਹੀ ਤੋਰੇ ਹਨ, ਸਾਰੇ ਜੀਵ ਉਸੇ ਦੇ ਹੁਕਮ ਵਿਚ ਹਨ, (ਉਸੇ ਦੇ ਹੁਕਮ ਅਨੁਸਾਰ) ਜਗਤ ਜੰਮਦਾ ਤੇ ਮਰਦਾ ਰਹਿੰਦਾ ਹੈ । (ਜੀਵ ਨਾਮ ਨੂੰ ਭੁਲਾ ਕੇ ਮਾਇਆ ਦੇ ਮੋਹ ਦਾ) ਜ਼ਹਰ-ਰੂਪ ਭਾਰ ਆਪਣੇ ਸਿਰ ਉਤੇ ਇਕੱਠਾ ਕਰੀ ਜਾਂਦਾ ਹੈ, (ਤੇ ਇਹ ਨਹੀਂ ਸਮਝਦਾ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਭੀ ਸਾਥੀ-ਮਿੱਤਰ ਨਹੀਂ ਬਣ ਸਕਦਾ । ਜੀਵ (ਪਰਮਾਤਮਾ ਦੇ) ਹੁਕਮ ਅਨੁਸਾਰ (ਜਗਤ ਵਿਚ) ਆਉਂਦਾ ਹੈ, (ਪਰ ਮਾਇਆ ਦੇ ਮੋਹ ਵਿਚ ਫਸ ਕੇ ਉਸ) ਹੁਕਮ ਨੂੰ ਸਮਝਦਾ ਨਹੀਂ । ਪ੍ਰਭੂ ਆਪ ਹੀ ਜੀਵ ਨੂੰ ਆਪਣੇ ਹੁਕਮ ਅਨੁਸਾਰ (ਸਿੱਧੇ ਰਾਹ ਪਾ ਕੇ) ਸਵਾਰਨ ਦੇ ਸਮਰਥ ਹੈ । ਹੇ ਨਾਨਕ! ਗੁਰੂ ਦੇ ਸ਼ਬਦ ਵਿਚ ਜੁੜਿਆਂ ਇਹ ਪਛਾਣ ਆਉਂਦੀ ਹੈ ਕਿ ਜਗਤ ਦਾ ਮਾਲਕ ਸਦਾ-ਥਿਰ ਰਹਿਣ ਵਾਲਾ ਹੈ ਤੇ ਸਭ ਦਾ ਪੈਦਾ ਕਰਨ ਵਾਲਾ ਹੈ ।੩।

ਹੇ ਭਾਈ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਪਰਮਾਤਮਾ ਦੀ ਹਜ਼ੂਰੀ ਵਿਚ ਸੋਭਦੇ ਹਨ, ਕਿਉਂਕਿ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹ ਆਪਣੇ ਜੀਵਨ ਨੂੰ ਸੋਹਣਾ ਬਣਾ ਲੈਂਦੇ ਹਨ । ਉਹ ਬੰਦੇ ਆਤਮਕ ਜੀਵਨ ਦੇਣ ਵਾਲੀ ਬਾਣੀ ਆਪਣੀ ਜੀਭ ਨਾਲ ਉਚਾਰਦੇ ਰਹਿੰਦੇ ਹਨ, ਜੀਵ ਨੂੰ ਉਸ ਬਾਣੀ ਨਾਲ ਇਕ-ਰਸ ਕਰ ਲੈਂਦੇ ਹਨ । ਭਗਤ-ਜਨ ਪ੍ਰਭੂ ਦੇ ਨਾਮ ਨਾਲ ਜੀਭ ਨੂੰ ਰਸਾ ਲੈਂਦੇ ਹਨ, ਨਾਮ ਵਿਚ ਜੁੜ ਕੇ (ਨਾਮ ਵਾਸਤੇ ਉਹਨਾਂ ਦੀ) ਪਿਆਸ ਵਧਦੀ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਹ ਪ੍ਰਭੂ-ਨਾਮ ਤੋਂ ਸਦਕੇ ਹੁੰਦੇ ਹਨ (ਨਾਮ ਦੀ ਖ਼ਾਤਰ ਹੋਰ ਸਭ ਸਰੀਰਕ ਸੁਖ ਕੁਰਬਾਨ ਕਰਦੇ ਹਨ) । ਹੇ ਪ੍ਰਭੂ! ਜਦੋਂ (ਭਗਤ ਜਨ) ਤੇਰੇ ਮਨ ਵਿਚ ਪਿਆਰੇ ਲੱਗਦੇ ਹਨ, ਤਾਂ ਉਹ ਗੁਰੂ-ਪਾਰਸ ਨਾਲ ਛੁਹ ਕੇ ਆਪ ਭੀ ਪਾਰਸ ਹੋ ਜਾਂਦੇ ਹਨ (ਹੋਰਨਾਂ ਨੂੰ ਪਵਿਤ੍ਰ ਜੀਵਨ ਦੇਣ ਜੋਗੇ ਹੋ ਜਾਂਦੇ ਹਨ) । ਜੇਹੜੇ ਬੰਦੇ ਆਪਾ-ਭਾਵ ਦੂਰ ਕਰਦੇ ਹਨ ਉਹਨਾਂ ਨੂੰ ਉਹ ਆਤਮਕ ਦਰਜਾ ਮਿਲ ਜਾਂਦਾ ਹੈ ਜਿਥੇ ਆਤਮਕ ਮੌਤ ਅਸਰ ਨਹੀਂ ਕਰ ਸਕਦੀ । ਪਰ ਅਜੇਹਾ ਕੋਈ ਵਿਰਲਾ ਹੀ ਗੁਰੂ ਦੇ ਦਿੱਤੇ ਗਿਆਨ ਦੀ ਵਿਚਾਰ ਕਰਨ ਵਾਲਾ ਬੰਦਾ ਹੁੰਦਾ ਹੈ । ਹੇ ਨਾਨਕ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਸਦਾ-ਥਿਰ ਪ੍ਰਭੂ ਦੇ ਦਰ ਤੇ ਸੋਭਾ ਪਾਂਦੇ ਹਨ, ਉਹ (ਆਪਣੇ ਸਾਰੇ ਜੀਵਨ ਵਿਚ) ਸਦਾ-ਥਿਰ ਪ੍ਰਭੂ ਦੇ ਨਾਮ ਦਾ ਹੀ ਵਣਜ ਕਰਦੇ ਹਨ ।੪।

ਜਦੋਂ ਤਕ ਮੈਂ ਮਾਇਆ ਵਾਸਤੇ ਭੁੱਖਾ ਪਿਆਸਾ ਰਹਿੰਦਾ ਹਾਂ, ਤਦ ਤਕ ਮੈਂ ਕਿਸੇ ਭੀ ਤਰ੍ਹਾਂ ਪ੍ਰਭੂ ਦੇ ਦਰ ਤੇ ਪਹੁੰਚ ਨਹੀਂ ਸਕਦਾ । (ਮਾਇਆ ਦੀ ਤਿ੍ਰਸ਼ਨਾ ਦੂਰ ਕਰਨ ਦਾ ਇਲਾਜ) ਮੈਂ ਜਾ ਕੇ ਆਪਣੇ ਗੁਰੂ ਤੋਂ ਪੁੱਛਦਾ ਹਾਂ (ਤੇ ਉਸ ਦੀ ਸਿੱਖਿਆ ਅਨੁਸਾਰ) ਮੈਂ ਪਰਮਾਤਮਾ ਦਾ ਨਾਮ ਸਿਮਰਦਾ ਹਾਂ (ਨਾਮ ਹੀ ਤਿ੍ਰਸਨਾ ਦੂਰ ਕਰਦਾ ਹੈ) । ਗੁਰੂ ਦੀ ਸਰਨ ਪੈ ਕੇ ਮੈਂ ਸਦਾ-ਥਿਰ ਨਾਮ ਸਿਮਰਦਾ ਹਾਂ ਸਦਾ-ਥਿਰ ਪ੍ਰਭੂ (ਦੀ ਸਿਫ਼ਤਿ-ਸਾਲਾਹ) ਉਚਾਰਦਾ ਹਾਂ, ਤੇ ਸਦਾ-ਥਿਰ ਪ੍ਰਭੂ ਨਾਲ ਸਾਂਝ ਪਾਂਦਾ ਹਾਂ । ਮੈਂ ਹਰ ਰੋਜ਼ ਉਸ ਪ੍ਰਭੂ ਦਾ ਨਾਮ ਮੂੰਹੋਂ ਬੋਲਦਾ ਹਾਂ ਜੋ ਦੀਨਾਂ ਦਾ ਸਹਾਰਾ ਹੈ ਜੋ ਦਇਆ ਦਾ ਸੋਮਾ ਹੈ ਤੇ ਜਿਸ ਉਤੇ ਮਾਇਆ ਦਾ ਪ੍ਰਭਾਵ ਨਹੀਂ ਪੈ ਸਕਦਾ । ਪਰਮਾਤਮਾ ਨੇ ਜਿਸ ਮਨੁੱਖ ਨੂੰ ਆਪਣੀ ਹਜ਼ੂਰੀ ਤੋਂ ਹੀ ਨਾਮ ਸਿਮਰਨ ਦੀ ਕਰਨ-ਜੋਗ ਕਾਰ ਕਰਨ ਦਾ ਹੁਕਮ ਦੇ ਦਿੱਤਾ, ਉਹ ਮਨੁੱਖ ਆਪਣੇ ਮਨ ਨੂੰ (ਮਾਇਆ ਵਲੋਂ) ਮਾਰ ਕੇ ਤ੍ਰਿਸ਼ਨਾ ਦੇ ਪ੍ਰਭਾਵ ਤੋਂ ਬਚ ਜਾਂਦਾ ਹੈ । ਹੇ ਨਾਨਕ! ਉਸ ਮਨੁੱਖ ਨੂੰ ਪ੍ਰਭੂ ਦਾ ਨਾਮ ਹੀ ਮਿੱਠਾ ਤੇ ਹੋਰ ਸਭ ਰਸਾਂ ਨਾਲੋਂ ਸ੍ਰੇਸ਼ਟ ਲੱਗਦਾ ਹੈ, ਉਸ ਨੇ ਨਾਮ ਸਿਮਰਨ ਦੀ ਬਰਕਤਿ ਨਾਲ ਮਾਇਆ ਦੀ ਤ੍ਰਿਸ਼ਨਾ (ਆਪਣੇ ਅੰਦਰੋਂ) ਦੂਰ ਕਰ ਲਈ ਹੁੰਦੀ ਹੈ ।੫।੨।

ਪੀਣ ਵਾਲੇ ਪਾਣੀ ਦੀਆਂ ਨਵੀਆਂ ਪਾਈਪਾਂ ਪਾਏ ਜਾਣ ਤੇ ਖਰਚ ਜਾਣਗੇ  57 ਕਰੋੜ  : ਕੁਲਵੰਤ ਸਿੰਘ

 ਵਿਧਾਇਕ ਕੁਲਵੰਤ ਸਿੰਘ  ਕਿਹਾ : ਨਗਰ ਨਿਗਮ ਚੋਣਾਂ ਨੂੰ ਲੈ ਕੇ ਸਭਨਾਂ ਨੂੰ ਸੀ ਮਾਨਯੋਗ ਅਦਾਲਤ ਦੇ ਫੈਸਲੇ ਦੀ ਉਡੀਕ   

ਮੋਹਾਲੀ 19 ਮਾਰਚ : 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਦੇ ਚਿਰਕੋਣੇ ਮਸਲਿਆਂ ਨੂੰ ਹੱਲ ਕੀਤਾ ਜਾ ਰਿਹਾ ਹੈ, ਇਹ ਗੱਲ ਅੱਜ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ  ਕਹੀ, ਵਿਧਾਇਕ ਮੋਹਾਲੀ  ਅੱਜ ਫੇਜ-10 ਵਿਖੇ ਪੀਣ ਵਾਲੇ ਪਾਣੀ ਦੀਆਂ ਨਵੀਆਂ ਪਾਈਪਾਂ ਨੂੰ ਪਾਏ ਜਾਣ ਦੇ ਕੰਮ ਦੀ ਸ਼ੁਰੂਆਤ ਕੀਤੇ ਜਾਣ ਦੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।   ਐਲ.ਆਈ.ਜੀ. ਐਮ. ਆਈ.ਜੀ. ਫੇਸ- 10 ਦੇ ਏਰੀਏ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਵਧੀਆ ਬਣਾਉਣ ਦੇ ਲਈ – ਸਪਲਾਈ ਦੀਆਂ ਲਾਈਨਾਂ ਪੁਰਾਣੀਆਂ ਅਤੇ ਖਰਾਬ ਹੋ ਜਾਣ ਦੇ ਚਲਦਿਆਂ ਪੀਣ ਵਾਲੇ ਪਾਣੀ  ਲਗਾਤਾਰ ਅਸ਼ੁੱਧ ਹੋ ਰਿਹਾ ਸੀ, ਇਸ ਸਮੱਸਿਆ ਨੂੰ ਹੱਲ ਕਰਨ ਦੇ ਲਈ ਪੁਰਾਣੀਆਂ ਪਾਈਪਾਂ ਦੀਆਂ ਲਾਈਨਾਂ ਬਦਲ ਕੇ ਨਵੀਆਂ ਚਾਰ ਇੰਚ ਦੀਆਂ ਡੀ.ਆਈ. ਪਾਈਪਾਂ ਪਈਆਂ ਜਾ ਰਹੀਆਂ ਜਾਣਗੀਆਂ,ਇਸ ਕੰਮ ਤੇ ਲਗਭਗ 57 ਕਰੋੜ ਰੁਪਏ ਖਰਚ ਆਵੇਗਾ ਅਤੇ ਇਹ ਕੰਮ ਨੀਅਤ ਕੀਤੇ ਗਏ ਸਮੇਂ ਦੇ ਅੰਦਰ ਲਗਭਗ ਢਾਈ  ਮਹੀਨਿਆਂ ਦੇ ਵਿੱਚ ਪੂਰਾ ਕਰ ਲਿਆ ਜਾਵੇਗਾ, ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਕਿਹਾ ਕਿ ਪੁਰਾਣੀਆਂ ਪਾਈਪਾਂ ਦਾ ਪਾਣੀ ਮਿਕਸ ਹੋ ਜਾਂਦਾ ਸੀ ਅਤੇ ਪੂਰੀ ਤਰ੍ਹਾਂ ਸਾਫ ਨਹੀਂ ਸੀ ਮਿਲਦਾ,ਜਿਸ ਦੇ ਚਲਦਿਆਂ  ਇਲਾਕੇ ਵਿੱਚ ਬਿਮਾਰੀਆਂ ਫੈਲਣ  ਦਾ ਵੀ ਖਦਸਾ ਬਣਿਆ ਹੋਇਆ ਸੀ, ਇਸ ਨਵੀਆਂ ਪਾਈਪਾਂ ਪਾਏ ਜਾਣ ਨਾਲ ਲੋਕਾਂ ਨੂੰ  ਬਿਮਾਰੀਆਂ ਫੈਲਣ ਦੇ ਡਰ ਤੋਂ ਰਾਹਤ ਮਿਲੇਗੀ,, ਉਹਨਾਂ ਕਿਹਾ ਕਿ ਫੇਸ- 10 ਦੇ ਲੋਕਾਂ ਨੂੰ ਸਭ ਤੋਂ ਪਹਿਲਾਂ ਹੀ ਨਹਿਰੀ ਪਾਣੀ ਮਿਲਣਾ ਸ਼ੁਰੂ ਹੋ ਗਿਆ ਸੀ, ਜੋ ਕਿ ਪਹਿਲਾਂ ਹੀ ਸਾਫ ਸੁਥਰਾ ਪਾਣੀ ਮਿਲ ਰਿਹਾ ਹੈ, ਜੋ ਵੀ ਕਦੇ ਕਿਸੇ ਤਰ੍ਹਾਂ ਦੀ ਦਿੱਕਤ ਆਉਂਦੀ ਹੈ, ਤਾਂ ਰੂਟੀਨ ਦੇ ਕੰਮਾਂ ਵਾਂਗ ਹੀ ਸੰਬੰਧਿਤ ਵਿਭਾਗ ਵੱਲੋਂ ਇਸ ਨੂੰ ਠੀਕ ਕਰ ਲਿਆ ਜਾਂਦਾ ਹੈ, ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਫੇਜ- 10 ਵਿੱਚ ਆ ਕੇ ਮੈਨੂੰ ਹਮੇਸ਼ਾ ਇਹੀ ਲੱਗਦਾ ਹੈ ਕਿ ਇਹ ਮੇਰਾ ਆਪਣਾ ਪਰਿਵਾਰ ਹੈ, ਕਿਉਂਕਿ ਮੈਂ 1995 ਵਿੱਚ ਸਭ ਤੋਂ ਪਹਿਲਾਂ ਫੇਸ -10 ਤੋਂ ਹੀ  ਕੌਂਸਲਰ  ਬਣਿਆ ਸੀ, ਉਸ ਤੋਂ ਇਲਾਵਾ ਮੀਤ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਅਤੇ ਪ੍ਰਧਾਨ ਵੀ ਮੈਨੂੰ ਫੇਜ- 10 ਦੇ ਵਸ਼ਿੰਦਿਆਂ ਨੇ ਹੀ ਬਣਾਇਆ, ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੋਹਾਲੀ ਕਾਰਪੋਰੇਸ਼ਨ ਦੀਆਂ ਚੋਣਾਂ ਦੀ ਸਬੰਧੀ ਸਭ ਨੂੰ ਮਾਨਯੋਗ ਅਦਾਲਤ ਦੇ ਫੈਸਲੇ ਦੀ ਹੀ ਉਡੀਕ ਸੀ, ਹੁਣ ਚੋਣਾਂ ਕਰਵਾਏ ਜਾਣ ਨੂੰ ਲੈ ਕੇ ਰੂਟੀਨ ਪ੍ਰਕਿਰਿਆ ਸ਼ੁਰੂ ਹੋ ਚੁੱਕੀ  ਹੈ , ਇਸ ਮੌਕੇ ਤੇ ਸੰਦੀਪ ਸਿੰਘ- ਕਮਿਸ਼ਨਰ ਨਗਰ ਨਿਗਮ, ਨਰੇਸ਼ ਕੁਮਾਰ- ਬੱਤਾ ਚੀਫ ਇੰਜੀਨੀਅਰ, ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ- ਕੁਲਦੀਪ ਸਿੰਘ ਸਮਾਣਾ,  ਰਿੱਕੀ ਸ਼ਰਮਾ,  ਡਾਕਟਰ ਕੁਲਦੀਪ ਸਿੰਘ,  ਅਮਰਜੀਤ ਸਿੰਘ,  ਸੁਖਵਿੰਦਰ ਸਿੰਘ ਬਰਨਾਲਾ,  ਕੈਪਟਨ ਕਰਨੈਲ ਸਿੰਘ,  ਸਵਰਨ ਲਤਾ,  ਤਰੁਣਜੀਤ ਬਲਾਕ ਪ੍ਰਧਾਨ,  ਹਰਪਾਲ ਸਿੰਘ ਚੰਨਾ,  ਜਸਪਾਲ ਸਿੰਘ ਮਟੋਰ, ਅਕਬਿੰਦਰ ਸਿੰਘ ਗੋਸਲ, ਆਰ ਪੀ ਸ਼ਰਮਾ, ਧੀਰਜ ਕੁਮਾਰ ਗੌਰੀ ਬਲਾਕ ਪ੍ਰਧਾਨ ਪੰਕਜ ਹਾਂਡਾ ਮੋਹਨ ਸਿੰਘ ਐਨ ਆਰ ਸ਼ਰਮਾ ਰਾਜ ਕੁਮਾਰ ਨਾਨਕ ਸਿੰਘ ਸੱਜਣ ਸਿੰਘ  ਵੀ ਹਾਜ਼ਰ ਸਨ, 

ਵਿਜੀਲੈਂਸ ਬਿਊਰੋ ਨੇ ਫਰਵਰੀ ਦੌਰਾਨ ਰਿਸ਼ਵਤਖੋਰੀ ਦੇ 14 ਮਾਮਲਿਆਂ ’ਚ 18 ਵਿਅਕਤੀਆਂ ਨੂੰ ਕੀਤਾ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਾਰਚ :

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ ਫਰਵਰੀ ਮਹੀਨੇ ਵਿੱਚ 14 ਵੱਖ-ਵੱਖ ਟਰੈਪ ਕੇਸਾਂ ਤਹਿਤ 17 ਸਰਕਾਰੀ ਅਧਿਕਾਰੀਆਂ ਅਤੇ ਇੱਕ ਨਿੱਜੀ ਵਿਅਕਤੀ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਵਿਜੀਲੈਂਸ ਬਿਊਰੋ ਨੇ ਇਸ ਸਮੇਂ ਦੌਰਾਨ ਸਰਕਾਰੀ ਕਰਮਚਾਰੀਆਂ ਅਤੇ ਹਰ ਖੇਤਰ ਵਿੱਚ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਹੈ।

ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ 26 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਇਸ ਤੋਂ ਇਲਾਵਾ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 3 ਵਿਜੀਲੈਂਸ ਇੰਕੁਆਈਰੀਜ਼ ਵੀ ਦਰਜ ਕੀਤੀਆਂ ਗਈਆਂ ਹਨ। ਬੁਲਾਰੇ ਨੇ ਅੱਗੇ ਕਿਹਾ ਕਿ 35 ਮੁਲਜ਼ਮਾਂ ਵਿਰੁੱਧ 9 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ,ਜਿਨ੍ਹਾਂ ਵਿੱਚ 11 ਸਰਕਾਰੀ ਮੁਲਾਜ਼ਮ ਸ਼ਾਮਲ ਹਨ।

ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਬੁਲਾਰੇ ਨੇ ਕਿਹਾ ਕਿ ਵੱਖ-ਵੱਖ ਸਮਰੱਥ ਅਦਾਲਤਾਂ ਨੇ ਪਿਛਲੇ ਮਹੀਨੇ ਦੌਰਾਨ ਬਿਊਰੋ ਵੱਲੋਂ ਦਾਇਰ ਕੀਤੇ ਗਏ ਅਤੇ ਲੜੇ ਗਏ ਰਿਸ਼ਵਤਖੋਰੀ ਦੇ 4 ਮਾਮਲਿਆਂ ਦਾ ਫੈਸਲਾ ਸੁਣਾਇਆ, ਜਿਸ ਵਿੱਚ ਚਾਰ ਵਿਅਕਤੀਆਂ ਨੂੰ ਦੋਸ਼ੀ ਠਹਿਰਾਇਆ ਗਿਆ ਅਤੇ ਸਾਢੇ ਤਿੰਨ ਸਾਲ ਤੋਂ ਚਾਰ ਸਾਲ ਦੀ ਕੈਦ ਅਤੇ 10000 ਰੁਪਏ ਤੋਂ ਲੈ ਕੇ 50000 ਰੁਪਏ ਤੱਕ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ।

ਪੰਜਾਬ

ਦੇਸ਼