Breaking News
SC ਕਮਿਸ਼ਨ ਸਾਹਮਣੇ ਪੇਸ਼ ਹੋਏ ਰਵਨੀਤ ਸਿੰਘ ਬਿੱਟੂ

ਚੰਡੀਗੜ੍ਹ, 24 ਜੂਨ, ਪ੍ਰਾਈਮ ਏਸ਼ੀਆਂ ਬਿਊਰੋ :

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਇੱਕ ਵਾਇਰਲ ਵੀਡੀਓ ਮਾਮਲੇ ਵਿੱਚ ਖੁਦ ਪੰਜਾਬ ਰਾਜ ਐਸਸੀ ਕਮਿਸ਼ਨ (Punjab State SC Commission) ਸਾਹਮਣੇ ਪੇਸ਼ ਹੋਏ। ਰਵਨੀਤ ਸਿੰਘ ਬਿੱਟੂ ਨੇ ਵਿਵਾਦਤ ਵੀਡੀਓ ਨੂੰ ਲੈ ਕੇ ਅੱਜ ਐਸਸੀ ਕਮਿਸ਼ਨ ਦੇ ਚੇਅਰਮੈਨ ਸਾਹਮਣੇ ਆਪਣਾ ਪੱਖ ਰੱਖਿਆ। ਰਵਨੀਤ ਸਿੰਘ ਬਿੱਟੂ ਨੇ ਜਾਤੀ ਸੂਚਕ ਸ਼ਬਦ ਬੋਲਣ ਦੇ ਮਾਮਲੇ ਉਤੇ ਸਪੱਸ਼ਟੀਕਰਨ ਦਿੱਤਾ। ਉਨ੍ਹਾਂ ਕਿਹਾ ਕਿ ਮੈਂ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੋਂ ਵੀ ਵੀਡੀਓ ਡਿਲੀਟ ਕੀਤੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮੇਰੇ ਸ਼ਬਦ 100 ਫੀਸਦੀ ਕਾਨੂੰਨ ਪੱਧਰ ਉਤੇ ਗਲਤ ਸਨ। ਉਨ੍ਹਾਂ ਕਿਹਾ ਕਿ ਮੈਂ ਇਨ੍ਹਾਂ ਸ਼ਬਦਾਂ ਲਈ ਟੀਵੀ ਚੈਨਲਾਂ ਉਤੇ ਵੀ ਮੁਆਫੀ ਮੰਗੀ ਹੈ।

ਦਿੱਲੀ ਤੋਂ ਅੰਮ੍ਰਿਤਸਰ ਆ ਰਿਹਾ ਏਅਰ ਇੰਡੀਆ ਦਾ ਜਹਾਜ਼ ਪਾਕਿਸਤਾਨ ‘ਚ ਹੋਇਆ ਦਾਖਲ

ਨਵੀਂ ਦਿੱਲੀ, 24 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਦਿੱਲੀ ਤੋਂ ਅੰਮ੍ਰਿਤਸਰ ਜਾ ਰਹੀ ਏਅਰ ਇੰਡੀਆ ਦੀ ਉਡਾਣ AI-479 ਤਕਨੀਕੀ ਨੁਕਸ ਕਰਕੇ ਰਸਤੇ ਤੋਂ ਭਟਕ ਗਈ ਅਤੇ ਪਾਕਿਸਤਾਨੀ ਹਵਾਈ ਖੇਤਰ ਵਿੱਚ ਦਾਖਲ ਹੋ ਗਈ। ਪਾਕਿਸਤਾਨ ਦੀ ਹਵਾਈ ਆਵਾਜਾਈ ਅਥਾਰਟੀ ਦੀ ਚੇਤਾਵਨੀ ਤੋਂ ਬਾਅਦ ਜਹਾਜ਼ ਨੇ ਯੂ-ਟਰਨ ਲਿਆ ਅਤੇ ਭਾਰਤੀ ਹਵਾਈ ਖੇਤਰ ਵਿੱਚ ਵਾਪਸ ਆ ਗਈ। ਜਾਣਕਾਰੀ ਮੁਤਾਬਕ, A321 ਜਹਾਜ਼ ਨੇ ਸੋਮਵਾਰ ਰਾਤ 9:18 ਵਜੇ ਦਿੱਲੀ ਤੋਂ ਉਡਾਣ ਭਰੀ। ਉਡਾਣ ਦੌਰਾਨ ਇੱਕ ਤਕਨੀਕੀ ਨੁਕਸ ਕਾਰਨ ਜਹਾਜ਼ ਆਪਣੇ ਨਿਰਧਾਰਤ ਰੂਟ ਤੋਂ ਭਟਕ ਗਿਆ। ਹਾਲਾਂਕਿ, ਸਥਿਤੀ ਨੂੰ ਸਮੇਂ ਸਿਰ ਸੰਭਾਲਿਆ ਅਤੇ ਜਹਾਜ਼ ਨੂੰ ਵਾਪਸ ਮੋੜ ਦਿੱਤਾ ਗਿਆ। ਹਾਲਾਂਕਿ, ਅੰਮ੍ਰਿਤਸਰ ਹਵਾਈ ਅੱਡੇ ‘ਤੇ ਲੈਂਡਿੰਗ ਦਾ ਸਮਾਂ ਲੰਘ ਜਾਣ ਕਾਰਨ ਜਹਾਜ਼ ਨੂੰ ਅੰਮ੍ਰਿਤਸਰ ਵਿੱਚ ਲੈਂਡਿੰਗ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ। ਇਸ ਤੋਂ ਬਾਅਦ ਜਹਾਜ਼ ਨੂੰ ਵਾਪਸ ਦਿੱਲੀ ਡਾਇਵਰਟ ਕਰ ਦਿੱਤਾ ਗਿਆ। ਲਗਭਗ ਦੋ ਘੰਟੇ ਬਾਅਦ, ਜਹਾਜ਼ ਨੂੰ ਦੁਬਾਰਾ ਇਜਾਜ਼ਤ ਮਿਲੀ ਅਤੇ ਅੰਮ੍ਰਿਤਸਰ ਲਈ ਉਡਾਣ ਭਰੀ ਅਤੇ ਸਵੇਰੇ 2:20 ਵਜੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਸੁਰੱਖਿਅਤ ਢੰਗ ਨਾਲ ਲੈਂਡ ਹੋਈ। ਇਸ ਘਟਨਾ ਕਾਰਨ ਯਾਤਰੀਆਂ ਲਈ ਲਗਭਗ ਚਾਰ ਘੰਟੇ ਦੀ ਦੇਰੀ ਹੋਈ। ਇਸ ਮਾਮਲੇ ਦੀ ਫਿਲਹਾਲ ਜਾਂਚ ਕੀਤੀ ਜਾ ਰਹੀ ਹੈ।

ਆਮ ਆਦਮੀ ਪਾਰਟੀ ਵੱਲੋਂ ਹੁਸ਼ਿਆਰਪੁਰ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

ਚੰਡੀਗੜ੍ਹ, 24 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਹੁਸ਼ਿਆਰਪੁਰ ਨਗਰ ਨਿਗਮ ਚੋਣਾਂ ਲਈ ਵੱਖ-ਵੱਖ ਵਾਰਡਾਂ ਤੋਂ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਵੱਲੋਂ ਜਾਰੀ ਕੀਤੀ ਗਈ ਸੂਚੀ ਵਿੱਚ ਵੱਖ-ਵੱਖ ਵਾਰਡਾਂ ਲਈ ਉਮੀਦਵਾਰਾਂ ਨੂੰ ਮੈਦਾਨ ਵਿੱਚ ਉਤਾਰਿਆ ਗਿਆ।

ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ : CM ਮਾਨ

ਬਠਿੰਡਾ; 24 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਕੀਤਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਸੰਸਥਾ ਦੀ ਦੁਰਵਰਤੋਂ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਤੁਰੰਤ ਕਰਵਾਉਣ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਹੁਣ ਧਾਰਮਿਕ ਸੰਸਥਾਵਾਂ ਨੂੰ ਉਨ੍ਹਾਂ ਲੋਕਾਂ ਦੇ ਗਲਬੇ ਵਿੱਚ ਰਹਿਣ ਦੇਣ ਦਾ ਹੋਰ ਬੋਝ ਬਰਦਾਸ਼ਤ ਨਹੀਂ ਕਰ ਸਕਦਾ, ਜਿਨ੍ਹਾਂ ਨੇ ਸਿਆਸੀ ਲਾਹਾ ਲੈਣ ਲਈ ਆਸਥਾ ਦਾ ਸ਼ੋਸ਼ਣ ਕੀਤਾ ਅਤੇ ਸੂਬੇ ਨੂੰ ਨਿਵਾਣਾਂ ਵੱਲ ਧੱਕਣ ਵਾਲੇ ਮਾਫੀਆ ਦੀ ਪੁਸ਼ਤਪਨਾਹੀ ਕੀਤੀ।

ਮੌੜ ਹਲਕੇ ਦੇ ਇਤਿਹਾਸਕ ਪਿੰਡ ਮੰਡੀ ਕਲਾਂ ਵਿਖੇ ਵਿਸ਼ਾਲ ‘ਲੋਕ ਮਿਲਣੀ’ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿੱਥੇ ਉਨ੍ਹਾਂ ਦੀ ਸਰਕਾਰ ਨੇ ਬੇਅਦਬੀ ਲਈ ਸਖ਼ਤ ਸਜ਼ਾ ਯਕੀਨੀ ਬਣਾਉਣ ਲਈ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ, 2026’ ਬਣਾਇਆ ਹੈ, ਉੱਥੇ ਦੂਜੇ ਪਾਸੇ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਰਾਹੀਂ ਔਰਤਾਂ ਨੂੰ ਸਸ਼ਕਤ ਬਣਾਇਆ ਜਾ ਰਿਹਾ ਹੈ, ਨਹਿਰੀ ਸਿੰਚਾਈ ਦੇ ਵਿਸਥਾਰ ਅਤੇ ਦਿਨ ਵੇਲੇ ਬਿਜਲੀ ਸਪਲਾਈ ਰਾਹੀਂ ਕਿਸਾਨਾਂ ਨੂੰ ਸੁਰੱਖਿਅਤ ਕੀਤਾ ਜਾ ਰਿਹਾ ਹੈ ਅਤੇ ਸਿੱਖਿਆ ਵਿੱਚ ਸੁਧਾਰ ਕਰਕੇ ਪੰਜਾਬ ਨੂੰ ਸਕੂਲੀ ਸਿੱਖਿਆ ਵਿੱਚ ਦੇਸ਼ ਦਾ ਨੰਬਰ ਇੱਕ ਸੂਬਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਪਿੰਡ ਦੇ ਵਿਕਾਸ ਲਈ 50 ਲੱਖ ਰੁਪਏ ਦੀ ਗ੍ਰਾਂਟ ਦੇਣ, ਨਵੀਂ ਲਾਇਬ੍ਰੇਰੀ ਖੋਲ੍ਹਣ ਅਤੇ ਪਿੰਡ ਦੀ 55 ਸਾਲ ਪੁਰਾਣੀ ਧਰਮਸ਼ਾਲਾ ਦੇ ਨਵੀਨੀਕਰਨ ਦਾ ਐਲਾਨ ਵੀ ਕੀਤਾ।

ਮੁੱਖ ਮੰਤਰੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪਵਿੱਤਰਤਾ, ਸ਼੍ਰੋਮਣੀ ਕਮੇਟੀ ਦੀ ਭੂਮਿਕਾ, ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2026, ਭਲਾਈ ਸਕੀਮਾਂ, ਸਿੱਖਿਆ ਸੁਧਾਰਾਂ, ਸਿੰਚਾਈ ਦੇ ਬੁਨਿਆਦੀ ਢਾਂਚੇ, ਸਿਹਤ ਸੰਭਾਲ ਅਤੇ ਪੰਜਾਬ ਦੇ ਸਰਵਪੱਖੀ ਵਿਕਾਸ ਸਮੇਤ ਕਈ ਮੁੱਦਿਆਂ ‘ਤੇ ਵਿਸਥਾਰਪੂਰਵਕ ਗੱਲਬਾਤ ਕੀਤੀ।

ਲੋਕ ਮਿਲਣੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸ੍ਰੀ ਅਕਾਲ ਤਖ਼ਤ ਸਾਹਿਬ ਹਰ ਸਿੱਖ ਲਈ ਪਵਿੱਤਰ ਹੈ ਅਤੇ ਇਸ ਨੂੰ ਕੌਮ ਦਾ ਸਰਵਉੱਚ ਤਖ਼ਤ ਮੰਨਿਆ ਜਾਂਦਾ ਹੈ। ਇਹ ਇੱਕ ਬਹੁਤ ਹੀ ਪੂਜਨੀਕ ਅਸਥਾਨ ਹੈ, ਜਿੱਥੋਂ ਹਰ ਸਿੱਖ ਇਲਾਹੀ ਸ਼ਾਂਤੀ ਅਤੇ ਸ਼ਕਤੀ ਪ੍ਰਾਪਤ ਕਰਦਾ ਹੈ। ਹਾਲਾਂਕਿ, ਕੁਝ ਗਲਤ ਅਨਸਰਾਂ ਨੇ ਇਸ ਪਵਿੱਤਰ ਸੰਸਥਾ ‘ਤੇ ਕਬਜ਼ਾ ਕਰ ਲਿਆ ਹੈ ਅਤੇ ਇਹ ਅਹਿਸਾਸ ਕੀਤੇ ਬਿਨਾਂ ਫੈਸਲੇ ਲੈ ਰਹੇ ਹਨ ਕਿ ਇਹ ਸਾਡਾ ਪਵਿੱਤਰ ਅਸਥਾਨ ਹੈ। ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਇਸ ਲਈ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖਾਂ ਲਈ ਸਰਵਉੱਚ ਹੈ। ਪਰ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਦੀ ਦੁਰਵਰਤੋਂ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।”

ਮੁੱਖ ਮੰਤਰੀ ਨੇ ਕਿਹਾ, “ਮੈਂ ਭਾਰਤ ਸਰਕਾਰ ਨੂੰ ਲਿਖਿਆ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਹੋਈਆਂ ਨੂੰ 14 ਸਾਲ ਹੋ ਗਏ ਹਨ। ਇਹ ਸੰਸਥਾ ਅੱਜ ਬੇਹੱਦ ਮਾੜੀ ਹਾਲਤ ਵਿੱਚ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਹੜ੍ਹਾਂ ਦੌਰਾਨ ਸੁਖਬੀਰ ਸਿੰਘ ਬਾਦਲ ਵੱਲੋਂ ਵੰਡਿਆ ਗਿਆ ਪੈਸਾ ਉਨ੍ਹਾਂ ਦੀ ਆਪਣੀ ਖ਼ੂਨ-ਪਸੀਨੇ ਦੀ ਕਮਾਈ ਨਹੀਂ ਸੀ। ਇਹ ਗੁਰਦੁਆਰਿਆਂ ਵਿੱਚ ਸ਼ਰਧਾਲੂਆਂ ਵੱਲੋਂ ਚੜ੍ਹਾਈ ਗਈ ਭੇਟਾ ਦਾ ਪੈਸਾ ਸੀ। ਗਰੀਬ ਤੋਂ ਗਰੀਬ ਵਿਅਕਤੀ ਵੀ ਮਾਤਾ-ਪਿਤਾ ਦੇ ਅੰਤਿਮ ਸੰਸਕਾਰ ਵੇਲੇ ਗੁਰਦੁਆਰਾ ਸਾਹਿਬ ਵਿੱਚ ਕੁਝ ਨਾ ਕੁਝ ਯੋਗਦਾਨ ਪਾਉਂਦਾ ਹੈ। ਪਰ ਸੁਖਬੀਰ ਸਿੰਘ ਬਾਦਲ ਨੇ ਆਪਣੇ ਪਿਤਾ ਦੇ ਭੋਗ ਸਮੇਂ ਲੰਗਰ ਦਾ ਪ੍ਰਬੰਧ ਤੱਕ ਨਹੀਂ ਕੀਤਾ ਅਤੇ ਇਸ ਦੀ ਬਜਾਏ ਸ੍ਰੀ ਮੁਕਤਸਰ ਸਾਹਿਬ ਤੋਂ ਲੰਗਰ ਲੈ ਕੇ ਆਏ।”

ਉਨ੍ਹਾਂ ਅੱਗੇ ਕਿਹਾ, “ਬਾਦਲ ਪਰਿਵਾਰ ਨੇ ਜ਼ਮੀਨ, ਰੇਤ, ‘ਚਿੱਟੇ’, ਟਰਾਂਸਪੋਰਟ ਅਤੇ ਹੋਰ ਮਾਫੀਆ ਦੀ ਪੁਸ਼ਤਪਨਾਹੀ ਕਰਕੇ ਪੰਜਾਬ ਵਿੱਚ ਸਭ ਕੁਝ ਹੜੱਪ ਲਿਆ। ਉਨ੍ਹਾਂ ਨੇ ਸੂਬੇ ਨੂੰ ਬਰਬਾਦ ਕਰ ਦਿੱਤਾ ਅਤੇ ਇੱਥੋਂ ਦੇ ਲੋਕਾਂ ਨੂੰ ਬਹੁਤ ਦੁੱਖ ਦਿੱਤੇ। ਉਨ੍ਹਾਂ ਨੇ ਆਪਣੇ ਨਿੱਜੀ ਹਿੱਤਾਂ ਲਈ ਪੰਥ ਦੀ ਦੁਰਵਰਤੋਂ ਕੀਤੀ। ਲੋਕਾਂ ਨੇ ਉਨ੍ਹਾਂ ਨੂੰ ਗੁਰੂ ਸਾਹਿਬਾਨ ਦੇ ਨਾਮ ‘ਤੇ ਵੋਟਾਂ ਪਾਈਆਂ, ਪਰ ਉਨ੍ਹਾਂ ਨੇ ਗੁਰਬਾਣੀ ਦਾ ਨਿਰਾਦਰ ਕੀਤਾ। ਅਕਾਲੀਆਂ ਅਤੇ ਬਾਦਲ ਪਰਿਵਾਰ ਵੱਲੋਂ ਪੰਜਾਬ ਅਤੇ ਇਸ ਦੇ ਲੋਕਾਂ ਨਾਲ ਕੀਤੇ ਗਏ ਧੱਕੇ ਦੀ ਲੰਮੀ ਦਾਸਤਾਨ ਹੈ। ਜਨਤਾ ਉਨ੍ਹਾਂ ਨੂੰ ਇਨ੍ਹਾਂ ਕਰਤੂਤਾਂ ਲਈ ਕਦੇ ਵੀ ਮੁਆਫ ਨਹੀਂ ਕਰ ਸਕਦੀ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਰਮਾਤਮਾ ਨੇ ਮੈਨੂੰ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ, 2026’ ਬਣਾ ਕੇ ਮਨੁੱਖਤਾ ਦੀ ਸੇਵਾ ਕਰਨ ਦਾ ਮੌਕਾ ਬਖਸ਼ਿਆ ਹੈ, ਜੋ ਬੇਅਦਬੀ ਲਈ ਸਖ਼ਤ ਸਜ਼ਾ ਦਾ ਪ੍ਰਬੰਧ ਕਰਦਾ ਹੈ। ਇਸ ਕਾਨੂੰਨ ਤਹਿਤ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਅਤੇ 50 ਲੱਖ ਰੁਪਏ ਜੁਰਮਾਨਾ ਹੋ ਸਕਦਾ ਹੈ। ਜੇ ਜੁਰਮਾਨਾ ਨਾ ਭਰਿਆ ਗਿਆ ਤਾਂ ਦੋਸ਼ੀ ਦੀ ਜਾਇਦਾਦ ਵੇਚੀ ਜਾ ਸਕਦੀ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਗੁਰੂ ਸਾਹਿਬ ਦਾ ਨਿਰਾਦਰ ਕਰਨ ਅਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਅੰਜਾਮ ਨੂੰ ਯਾਦ ਰੱਖਣ।”

ਭਗਵੰਤ ਸਿੰਘ ਮਾਨ ਨੇ ਕਿਹਾ, “ਮੈਨੂੰ ਪੂਰਾ ਭਰੋਸਾ ਹੈ ਕਿ ਇਹ ਕਾਨੂੰਨ ਇੱਕ ਮਜ਼ਬੂਤ ਰੋਕ ਵਜੋਂ ਕੰਮ ਕਰੇਗਾ ਅਤੇ ਭਵਿੱਖ ਵਿੱਚ ਕੋਈ ਵੀ ਅਜਿਹੀ ਮੰਦਭਾਗੀ ਹਰਕਤ ਕਰਨ ਦੀ ਹਿੰਮਤ ਨਹੀਂ ਕਰੇਗਾ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਰ ਸਿੱਖ ਲਈ ਪਿਤਾ ਸਮਾਨ ਹਨ ਅਤੇ ਇਸ ਦੀ ਪਵਿੱਤਰਤਾ ਨੂੰ ਬਣਾਈ ਰੱਖਣਾ ਸਾਡਾ ਸਾਰਿਆਂ ਦਾ ਸਾਂਝਾ ਫਰਜ਼ ਹੈ।”

ਉਨ੍ਹਾਂ ਕਿਹਾ, “ਅਕਾਲੀਆਂ ਨੇ ਸਿਆਸੀ ਲਾਹੇ ਲਈ ਧਰਮ ਦੀ ਦੁਰਵਰਤੋਂ ਕੀਤੀ ਅਤੇ ਲੋਕ ਉਨ੍ਹਾਂ ਨੂੰ ਇਸ ਲਈ ਕਦੇ ਮੁਆਫ਼ ਨਹੀਂ ਕਰ ਸਕਦੇ। ਮੈਂ ਆਪਣੇ ਆਪ ਨੂੰ ਭਾਗਸ਼ਾਲੀ ਸਮਝਦਾ ਹਾਂ ਕਿ ਮੈਨੂੰ ਇਸ ਇਤਿਹਾਸਕ ਕਾਨੂੰਨ ਨੂੰ ਬਣਾਉਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।”

ਵਿਰੋਧੀ ਪਾਰਟੀਆਂ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਇਸ ਲਈ ਕੂੜ ਪ੍ਰਚਾਰ ਕਰ ਰਹੀਆਂ ਹਨ ਕਿਉਂਕਿ ਉਹ ਲੋਕਾਂ ਸਾਹਮਣੇ ਬੇਨਕਾਬ ਹੋਣ ਤੋਂ ਡਰਦੀਆਂ ਹਨ। ਉਨ੍ਹਾਂ ਨੇ ਅੱਗੇ ਕਿਹਾ, “ਇਨ੍ਹਾਂ ਆਗੂਆਂ ਨੇ ਆਪਣੇ ਸਿਆਸੀ ਹਿੱਤਾਂ ਲਈ ਧਰਮ, ਜਾਤ-ਪਾਤ ਅਤੇ ਨਫ਼ਰਤ ਦੇ ਨਾਂ ’ਤੇ ਲੋਕਾਂ ਨੂੰ ਗੁਮਰਾਹ ਕੀਤਾ। ਅਹੁਦਾ ਸੰਭਾਲਣ ਤੋਂ ਬਾਅਦ ਮੈਂ ਆਪਣੀ ਜ਼ਿੰਦਗੀ ਦਾ ਹਰ ਪਲ ਲੋਕਾਂ ਦੀ ਭਲਾਈ ਲਈ ਲਗਾਇਆ ਹੈ ਅਤੇ ਇਹੀ ਕਾਰਨ ਹੈ ਕਿ ਵਿਰੋਧੀ ਪਰੇਸ਼ਾਨ ਹਨ। ਸਾਰੀਆਂ ਰਵਾਇਤੀ ਪਾਰਟੀਆਂ ਮੈਨੂੰ ਲੋਕਾਂ ਦੀ ਭਲਾਈ ਲਈ ਕੰਮ ਕਰਨ ਤੋਂ ਰੋਕਣ ਲਈ ਮੇਰੇ ਖ਼ਿਲਾਫ਼ ਇਕੱਠੀਆਂ ਹੋ ਗਈਆਂ ਹਨ। ਹਾਲਾਂਕਿ ਉਨ੍ਹਾਂ ਦੀਆਂ ਇਹ ਹਰਕਤਾਂ ਮੈਨੂੰ ਪੰਜਾਬ ਅਤੇ ਇਸ ਦੇ ਲੋਕਾਂ ਦੀ ਸੇਵਾ ਕਰਨ ਤੋਂ ਕਦੇ ਨਹੀਂ ਰੋਕ ਸਕਦੀਆਂ।”

ਕਾਂਗਰਸ ਪਾਰਟੀ ‘ਤੇ ਵਿਅੰਗ ਕੱਸਦਿਆਂ ਉਨ੍ਹਾਂ ਕਿਹਾ ਕਿ ਹਰ ਕਾਂਗਰਸੀ ਆਗੂ ਮੁੱਖ ਮੰਤਰੀ ਬਣਨਾ ਚਾਹੁੰਦਾ ਹੈ। ਉਨ੍ਹਾਂ ਕਿਹਾ, “ਕਾਂਗਰਸ ਵਿੱਚ ਹਰ ਆਗੂ ਸੂਬੇ ਦਾ ਮੁਖੀ ਬਣਨ ਦੀ ਇੱਛਾ ਰੱਖਦਾ ਹੈ। ਪਾਰਟੀ ਕੋਲ ਆਮ ਵਰਕਰਾਂ ਨਾਲੋਂ ਮੁੱਖ ਮੰਤਰੀ ਦੇ ਦਾਅਵੇਦਾਰ ਜ਼ਿਆਦਾ ਹਨ। ਕਾਂਗਰਸੀ ਆਗੂ ਦਿਨ-ਦਿਹਾੜੇ ਸੱਤਾ ਵਿੱਚ ਵਾਪਸੀ ਦੇ ਸੁਪਨੇ ਦੇਖ ਰਹੇ ਹਨ। ਇਹ ਪਾਰਟੀ ਆਪਸੀ ਫੁੱਟ ਦਾ ਸ਼ਿਕਾਰ ਹੈ ਅਤੇ ਆਪਣੀ ਅੰਦਰੂਨੀ ਲੜਾਈ ਦੇ ਬੋਝ ਹੇਠ ਹੀ ਦਬ ਕੇ ਰਹਿ ਜਾਵੇਗੀ। ਉਨ੍ਹਾਂ ਕੋਲ ਪੰਜਾਬ ਲਈ ਕੋਈ ਵਿਜ਼ਨ ਨਹੀਂ ਹੈ ਅਤੇ ਉਹ ਸਿਰਫ਼ ਸੱਤਾ ਹਥਿਆਉਣ ਅਤੇ ਸੂਬੇ ਦੇ ਸਾਧਨਾਂ ਦੀ ਲੁੱਟ ਕਰਨ ਵਿੱਚ ਦਿਲਚਸਪੀ ਰੱਖਦੇ ਹਨ। ਉਨ੍ਹਾਂ ਦੇ ਸੁਪਨੇ ਕਦੇ ਪੂਰੇ ਨਹੀਂ ਹੋਣਗੇ ਕਿਉਂਕਿ ਲੋਕ ਉਨ੍ਹਾਂ ਦੇ ਇਰਾਦਿਆਂ ਤੋਂ ਪੂਰੀ ਤਰ੍ਹਾਂ ਵਾਕਿਫ਼ ਹਨ।”

ਮੁੱਖ ਮੰਤਰੀ ਨੇ ਕਿਹਾ ਕਿ ਆਪ ਸਰਕਾਰ ਦੇ ਸ਼ਾਸਨ ਵਿੱਚ ਪੰਜਾਬ ਵਿੱਚ ਇੱਕ ਵੱਡੀ ਤਬਦੀਲੀ ਦੇਖਣ ਨੂੰ ਮਿਲੀ ਹੈ। ਉਨ੍ਹਾਂ ਨੇ ਕਿਹਾ, “ਪਹਿਲਾਂ ਰਵਾਇਤੀ ਪਾਰਟੀਆਂ ਸਿਰਫ਼ ਸੱਤਾ ‘ਤੇ ਕਾਬਜ਼ ਹੋਣ ਲਈ ਆਪਣੀ ਵਾਰੀ ਦੀ ਉਡੀਕ ਕਰਦੀਆਂ ਸਨ। ਅੱਜ ਝਾੜੂ ਇਨ੍ਹਾਂ ਪਾਰਟੀਆਂ ਦੁਆਰਾ ਖਿਲਾਰੀ ਗਈ ਗੰਦਗੀ ਨੂੰ ਸਾਫ਼ ਕਰ ਰਿਹਾ ਹੈ।”

ਉਨ੍ਹਾਂ ਨੇ ਅੱਗੇ ਕਿਹਾ, “2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਲੋਕਾਂ ਨੇ ਸੱਤ ਸਾਬਕਾ ਮੁੱਖ ਮੰਤਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਨਕਾਰ ਦਿੱਤਾ ਸੀ। ਪੰਜਾਬ ਨੇ ਇੱਕ ਇਮਾਨਦਾਰ ਸਰਕਾਰ ਚੁਣੀ, ਜਿਸ ਨੇ ਜਨਤਾ ਦੀ ਭਲਾਈ ਲਈ ਅਣਥੱਕ ਕੰਮ ਕੀਤਾ ਹੈ। ਉਸ ਇਤਿਹਾਸਕ ਫਤਵੇ ਨੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ।”

‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੀਮ ਪੂਰੇ ਪੰਜਾਬ ਵਿੱਚ ਔਰਤਾਂ ਨੂੰ ਸਸ਼ਕਤ ਕਰੇਗੀ। ਉਨ੍ਹਾਂ ਨੇ ਅੱਗੇ ਕਿਹਾ, “ਮੈਂ ਪਹਿਲਾਂ ਵੀ ਕਈ ਵੱਡੀਆਂ ਸਕੀਮਾਂ ਦੇ ਐਲਾਨ ਕੀਤੇ ਹਨ, ਪਰ ਮੈਨੂੰ ਵਿਸ਼ੇਸ਼ ਤੌਰ ‘ਤੇ ਖੁਸ਼ੀ ਹੈ ਕਿ ਸੂਬਾ ਸਰਕਾਰ ਹੁਣ ਮਾਵਾਂ ਅਤੇ ਭੈਣਾਂ ਲਈ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਸਕੀਮ ਤਹਿਤ ਪੰਜਾਬ ਦੀ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਨੂੰ 1,000 ਰੁਪਏ ਪ੍ਰਤੀ ਮਹੀਨਾ ਮਿਲੇਗਾ, ਜਦੋਂ ਕਿ ਅਨੁਸੂਚਿਤ ਜਾਤੀ ਦੀਆਂ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਮਿਲੇਗਾ। ਯੋਗ ਲਾਭਪਾਤਰੀਆਂ ਨੂੰ ਪਹਿਲੀ ਜੁਲਾਈ ਤੋਂ ਲਾਭ ਮਿਲਣਾ ਸ਼ੁਰੂ ਹੋ ਜਾਵੇਗਾ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਮਿਲਣੀ ਸਿਆਸੀ ਸਮਾਗਮ ਨਹੀਂ ਹੈ। ਇਹ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਦਾ ਇੱਕ ਮੌਕਾ ਹੈ। ਕਈ ਸਰਕਾਰਾਂ ਆਈਆਂ ਅਤੇ ਗਈਆਂ, ਪਰ ਕਿਸੇ ਨੇ ਵੀ ਆਮ ਨਾਗਰਿਕਾਂ ਦੀ ਭਲਾਈ ਵੱਲ ਧਿਆਨ ਨਹੀਂ ਦਿੱਤਾ।”

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਖ਼ਜ਼ਾਨੇ ਦਾ ਇੱਕ-ਇੱਕ ਪੈਸਾ ਜਨਤਾ ਦੀ ਭਲਾਈ ਲਈ ਵਰਤਿਆ ਜਾ ਰਿਹਾ ਹੈ। ਉਨ੍ਹਾਂ ਕਿਹਾ, “ਪੰਜਾਬ ਦੇ 90 ਫੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ। ਕਿਸਾਨਾਂ ਨੂੰ ਹੁਣ ਦਿਨ ਵੇਲੇ ਬਿਜਲੀ ਮਿਲ ਰਹੀ ਹੈ, ਜੋ ਸੂਬੇ ਦੇ ਇਤਿਹਾਸ ਵਿੱਚ ਬੇਮਿਸਾਲ ਹੈ।”

ਉਨ੍ਹਾਂ ਨੇ ਅੱਗੇ ਕਿਹਾ, “ਅਜਿਹੇ ਸਮੇਂ ਜਦੋਂ ਕੌਮੀ ਜਾਇਦਾਦਾਂ ਕੌਡੀਆਂ ਦੇ ਭਾਅ ਕੁਝ ਚੋਣਵੇਂ ਲੋਕਾਂ ਦੇ ਹਵਾਲੇ ਕੀਤੀਆਂ ਜਾ ਰਹੀਆਂ ਹਨ, ਪੰਜਾਬ ਨੇ ਇੱਕ ਨਿੱਜੀ ਥਰਮਲ ਪਲਾਂਟ ਖ਼ਰੀਦ ਕੇ ਅਤੇ ਇਸ ਦਾ ਨਾਮ ਸ੍ਰੀ ਗੁਰੂ ਅਮਰ ਦਾਸ ਜੀ ਦੇ ਨਾਮ ‘ਤੇ ਰੱਖ ਕੇ ਇਤਿਹਾਸ ਰਚਿਆ ਹੈ।”

ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਨਿੱਜੀ ਸਕੂਲਾਂ ਵੱਲੋਂ ਫ਼ੀਸਾਂ ‘ਚ ਮਨਮਾਨੇ ਢੰਗ ਨਾਲ ਵਾਧੇ ਨੂੰ ਰੋਕਣ ਲਈ ਇੱਕ ਇਤਿਹਾਸਕ ਫੈਸਲਾ ਲਿਆ ਹੈ। ਉਨ੍ਹਾਂ ਕਿਹਾ, “ਅਸੀਂ ਪ੍ਰਾਈਵੇਟ ਗੈਰ-ਸਹਾਇਤਾ ਪ੍ਰਾਪਤ ਸਕੂਲਾਂ ਦੁਆਰਾ ਫੀਸ ‘ਚ ਵਾਧੇ ਨੂੰ ਨਿਯਮਤ ਕਰਨ ਲਈ ਇੱਕ ਆਰਡੀਨੈਂਸ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦਾ ਉਦੇਸ਼ ਸਕੂਲ ਫੀਸ ਢਾਂਚੇ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਯਕੀਨੀ ਬਣਾਉਣਾ ਅਤੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਫ਼ੀਸਾਂ ‘ਚ ਮਨਮਾਨੇ ਵਾਧੇ ਰਾਹੀਂ ਪੈਣ ਵਾਲੇ ਵਿੱਤੀ ਬੋਝ ਤੋਂ ਬਚਾਉਣਾ ਹੈ। ਇਸ ਆਰਡੀਨੈਂਸ ਤਹਿਤ ਕਿਸੇ ਵੀ ਪ੍ਰਾਈਵੇਟ ਸਕੂਲ ਨੂੰ ਪੰਜ ਪ੍ਰਤੀਸ਼ਤ ਤੋਂ ਵੱਧ ਫੀਸਾਂ ਵਧਾਉਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਇਸ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਸੰਸਥਾ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।”

ਮੁੱਖ ਮੰਤਰੀ ਨੇ ਕਿਹਾ ਕਿ ਟੈਕਸ ਦਾ ਪੈਸਾ ਲੋਕਾਂ ਦਾ ਹੈ ਅਤੇ ਅਸੀਂ ਵਿਕਾਸ ਅਤੇ ਭਲਾਈ ਪਹਿਲਕਦਮੀਆਂ ਰਾਹੀਂ ਲੋਕਾਂ ਨੂੰ ਹੀ ਇਹ ਪੈਸਾ ਵਾਪਸ ਕਰ ਰਹੇ ਹਾਂ।ਉਨ੍ਹਾਂ ਕਿਹਾ, “ਲੋਕਾਂ ਦਾ ਪੈਸਾ ਬਿਹਤਰ ਸਕੂਲਾਂ, ਹਸਪਤਾਲਾਂ, ਸੜਕਾਂ ਅਤੇ ਬੁਨਿਆਦੀ ਢਾਂਚੇ ਰਾਹੀਂ ਲੋਕਾਂ ਕੋਲ ਵਾਪਸ ਜਾ ਰਿਹਾ ਹੈ। ਅਸੀਂ ਮੁਫ਼ਤ ਬਿਜਲੀ, ਭ੍ਰਿਸ਼ਟਾਚਾਰ ਤੇ ਸਿਫਾਰਸ਼ ਬਿਨਾਂ 68,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ, ਬਿਹਤਰ ਸੜਕਾਂ, ਮਿਆਦ ਪੁਗਾ ਚੁੱਕੇ ਟੋਲ ਪਲਾਜ਼ਾ ਬੰਦ ਕਰਨ ਵਰਗੇ ਕਦਮ ਚੁੱਕੇ ਹਨ, ਜਿਸ ਦੇ ਨਤੀਜੇ ਵਜੋਂ ਹਰ ਰੋਜ਼ ਲੋਕਾਂ ਦੇ 70 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ। ਇਸਦੇ ਨਾਲ ਪੰਜਾਬ ਭਰ ਵਿੱਚ ਬੁਨਿਆਦੀ ਢਾਂਚੇ ਨੂੰ ਲਗਾਤਾਰ ਮਜ਼ਬੂਤ ਕੀਤਾ ਜਾ ਰਿਹਾ ਹੈ। “

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜਦੋਂ ਸਾਡੀ ਸਰਕਾਰ ਸੱਤਾ ਵਿੱਚ ਆਈ ਸੀ, ਤਾਂ ਸਿੰਚਾਈ ਲਈ ਸਿਰਫ਼ 22 ਫੀਸਦੀ ਨਹਿਰੀ ਪਾਣੀ ਵਰਤਿਆ ਜਾ ਰਿਹਾ ਸੀ। ਅੱਜ ਇਹ ਅੰਕੜਾ 80 ਫੀਸਦੀ ਨੂੰ ਪਾਰ ਕਰ ਗਿਆ ਹੈ। ‘ਆਪ’ ਸਰਕਾਰ ਨੇ ਸਿੰਚਾਈ ਬੁਨਿਆਦੀ ਢਾਂਚੇ ਵਿੱਚ ਵੱਡੇ ਸੁਧਾਰ ਕੀਤੇ ਹਨ। ਉਨ੍ਹਾਂ ਕਿਹਾ, “ਅਸੀਂ ਪੰਜਾਬ ਭਰ ਵਿੱਚ 14,000 ਕਿਲੋਮੀਟਰ ਪਾਈਪਲਾਈਨਾਂ ਵਿਛਾਉਣ ਦੇ ਨਾਲ ਨਾਲ ਨਵੇਂ ਖ਼ਾਲ਼ੇ ਬਣਾਏ ਅਤੇ ਪੁਰਾਣਿਆਂ ਨੂੰ ਸੁਰਜੀਤ ਤੇ ਮਜ਼ਬੂਤ ਕੀਤਾ। ਕਿਸਾਨਾਂ ਦੀਆਂ ਸਿੰਚਾਈ ਲੋੜਾਂ ਨੂੰ ਪੂਰਾ ਕਰਨ ਲਈ ਇਨ੍ਹਾਂ ਵਾਟਰ ਚੈਨਲਾਂ ਰਾਹੀਂ ਲਗਭਗ 21,000 ਕਿਊਸਿਕ ਪਾਣੀ ਛੱਡਿਆ ਗਿਆ ਹੈ। ਪਾਣੀ ਦੀ ਇਹ ਮਾਤਰਾ ਦੋ ਭਾਖੜਾ ਨਹਿਰਾਂ ਦੀ ਸਪਲਾਈ ਦੇ ਬਰਾਬਰ ਹੈ ਅਤੇ ਇਸ ਨਾਲ ਸੂਬੇ ਭਰ ਦੇ ਕਿਸਾਨਾਂ ਨੂੰ ਵੱਡਾ ਲਾਭ ਹੋ ਰਿਹਾ ਹੈ।”

ਮੁੱਖ ਮੰਤਰੀ ਨੇ ਕਿਹਾ ਕਿ ਧਰਤੀ ਹੇਠਲੇ ਪਾਣੀ ਦੇ ਪੱਧਰ ‘ਚ ਸੁਧਾਰ ਲਈ ਨਹਿਰਾਂ ਅਤੇ ਦਰਿਆਵਾਂ ਵਿੱਚ ਰੀਚਾਰਜ ਪੁਆਇੰਟ ਬਣਾਏ ਗਏ ਹਨ। ਉਨ੍ਹਾਂ ਕਿਹਾ, “ਕਈ ਖੇਤਰਾਂ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ ਦੋ ਤੋਂ ਚਾਰ ਮੀਟਰ ਵਧਿਆ ਹੈ। ਇਸ ਪਹਿਲ ਦਾ ਉਦੇਸ਼ ਆਉਣ ਵਾਲੀਆਂ ਪੀੜ੍ਹੀਆਂ ਦੇ ਹਿੱਤਾਂ ਦੀ ਰਾਖੀ ਕਰਨਾ ਹੈ ਕਿਉਂਕਿ ਪੰਜਾਬ ਦੀ ਪਛਾਣ ਅਤੇ ਹੋਂਦ ਪਾਣੀ ਨਾਲ ਡੂੰਘੀ ਤੌਰ ‘ਤੇ ਜੁੜੀ ਹੋਈ ਹੈ।”

ਉਨ੍ਹਾਂ ਕਿਹਾ, “ਕੋਈ ਵੀ ‘ਮੁਫ਼ਤ ਸਹੂਲਤ’ ਜਾਂ ਰਿਆਇਤ ਗਰੀਬੀ ਅਤੇ ਸਮਾਜਿਕ ਚੁਣੌਤੀਆਂ ਨੂੰ ਖ਼ਤਮ ਨਹੀਂ ਕਰ ਸਕਦੀ। ਇਹ ਸਿੱਖਿਆ ਹੀ ਹੈ, ਜੋ ਜੀਵਨ ਨੂੰ ਉੱਚਾ ਚੁੱਕਣ ਅਤੇ ਇਸ ਵਿੱਚ ਸੁਧਾਰ ਦੀ ਕੁੰਜੀ ਹੈ।”

ਸਿੱਖਿਆ ਵਿੱਚ ਪੰਜਾਬ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਿੱਖਿਆ ਵਿੱਚ ਕੌਮੀ ਪੱਧਰ ‘ਤੇ ਮੋਹਰੀ ਬਣ ਕੇ ਉਭਰਿਆ ਹੈ। ਉਨ੍ਹਾਂ ਕਿਹਾ, “ਪੰਜਾਬ ਸਰਕਾਰ ਦੇ ਸਮਰਪਿਤ ਯਤਨਾਂ ਸਦਕਾ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਵਿੱਚ ਪੰਜਾਬ ਸੂਬਾ ਕੇਰਲਾ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜ ਕੇ ਪਹਿਲੇ ਸਥਾਨ ‘ਤੇ ਪਹੁੰਚ ਗਿਆ ਹੈ। ਅਸੀਂ ਸਕੂਲਾਂ ਨੂੰ ਅਪਗ੍ਰੇਡ ਕੀਤਾ, ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕੀਤਾ, ਸਮਾਰਟ ਕਲਾਸਰੂਮ ਬਣਾਏ ਅਤੇ ਅਧਿਆਪਕਾਂ ਨੂੰ ਉੱਨਤ ਸਿਖਲਾਈ ਪ੍ਰਦਾਨ ਕੀਤੀ, ਜਿਸਦੇ ਨਤੀਜੇ ਵਜੋਂ ਪੰਜਾਬ ਹੁਣ ਸਿੱਖਿਆ ਖੇਤਰ ਵਿੱਚ ਮੋਹਰੀ ਬਣ ਕੇ ਉੱਭਰ ਰਿਹਾ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੀਤੀ ਆਯੋਗ ਦੁਆਰਾ ਜਾਰੀ ਕੀਤੇ ਗਏ ਹਾਲੀਆ ਅੰਕੜੇ ਦਰਸਾਉਂਦੇ ਹਨ ਕਿ ਪੰਜਾਬ ਨੇ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਵਿੱਚ ਕੇਰਲਾ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜਦਿਆਂ ਅੱਵਲ ਸਥਾਨ ਮੱਲਿਆ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਿਛਲੇ ਚਾਰ ਵਰ੍ਹਿਆਂ ਤੋਂ ਅਸੀਂ ਲਗਾਤਾਰ ਅਧਿਆਪਕ ਸਿਖਲਾਈ, ਆਧੁਨਿਕ ਅਧਿਆਪਨ ਵਿਧੀਆਂ ਅਤੇ ਸਮਾਰਟ ਕਲਾਸਰੂਮਾਂ ‘ਤੇ ਧਿਆਨ ਕੇਂਦਰਿਤ ਕੀਤਾ ਹੈ। ਪਹਿਲਾਂ ਕੇਰਲਾ ਸਿਖਰਲੇ ਸਥਾਨ ‘ਤੇ ਚੱਲਦਾ ਆ ਰਿਹਾ ਸੀ, ਪਰ ਹੁਣ ਪੰਜਾਬ ਨੇ ਵੱਡੇ ਫਰਕ ਨਾਲ ਇਸ ਰੈਕਿੰਗ ਵਿੱਚ ਸਿਖਰਲਾ ਦਰਜਾ ਮੱਲਿਆ ਹੈ। ਸਿੱਖਿਆ ਉਹ ਰੌਸ਼ਨੀ ਹੈ ਜੋ ਹਨੇਰੇ ਨੂੰ ਦੂਰ ਕਰਦੀ ਹੈ। ਇਸੇ ਲਈ ਇਹ ਖੇਤਰ ਸਾਡੀ ਸਰਕਾਰ ਸਈ ਸਭ ਤੋਂ ਵੱਧ ਤਰਜੀਹੀ ਖੇਤਰਾਂ ਵਿੱਚੋਂ ਇੱਕ ਹੈ।’’

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਨੇ ਪੰਜਾਬ ਦੇ ਸਿਹਤ ਸੰਭਾਲ ਖੇਤਰ ਵਿੱਚ ਵੱਡੀ ਕ੍ਰਾਂਤੀ ਲਿਆਂਦੀ ਹੈ। ਉਨ੍ਹਾਂ ਕਿਹਾ, “ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪੰਜਾਬ ਦੇ ਸਾਰੇ 65 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਜਾਰੀ ਕੀਤੇ ਜਾ ਰਹੇ ਹਨ। ਹਰ ਪਰਿਵਾਰ ਸਾਲਾਨਾ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦਾ ਹੱਕਦਾਰ ਹੈ। 30 ਲੱਖ ਤੋਂ ਵੱਧ ਲਾਭਪਾਤਰੀ ਪਹਿਲਾਂ ਹੀ ਸਿਹਤ ਕਾਰਡ ਪ੍ਰਾਪਤ ਕਰ ਚੁੱਕੇ ਹਨ ਅਤੇ ਲੋਕਾਂ ਨੇ ਇਸ ਯੋਜਨਾ ਦੇ ਤਹਿਤ ਹੁਣ ਤੱਕ ਲਗਪਗ 650 ਕਰੋੜ ਰੁਪਏ ਦੇ ਮੁਫ਼ਤ ਇਲਾਜ ਦਾ ਲਾਭ ਵੀ ਉਠਾਇਆ ਹੈ। ਮੈਂ ਹਰੇਕ ਯੋਗ ਪਰਿਵਾਰ ਨੂੰ ਇਸ ਪਹਿਲਕਦਮੀ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕਰਦਾ ਹਾਂ।”

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਖੇਤੀਬਾੜੀ ਖੇਤਰ ਨੂੰ ਬਿਜਲੀ ਸਪਲਾਈ ਵਿੱਚ ਵੱਡਾ ਮੀਲ ਪੱਥਰ ਸਥਾਪਤ ਕੀਤਾ ਹੈ। ਉਨ੍ਹਾਂ ਕਿਹਾ, “ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਝੋਨੇ ਦੇ ਸੀਜ਼ਨ ਦੌਰਾਨ ਖੇਤੀ ਮੋਟਰਾਂ ਨੂੰ ਅੱਠ ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਸਪਲਾਈ ਮਿਲ ਰਹੀ ਹੈ। ਕਿਸਾਨਾਂ ਨੂੰ ਹੁਣ ਸਿੰਚਾਈ ਦੇ ਉਦੇਸ਼ਾਂ ਲਈ ਦਿਨ ਵੇਲੇ ਬਿਜਲੀ ਮਿਲ ਰਹੀ ਹੈ, ਜਿਸ ਨਾਲ ਉਨ੍ਹਾਂ ਦੀ ਜ਼ਿੰਦਗੀ ਸੁਖਾਲੀ ਹੋ ਗਈ ਹੈ ਅਤੇ ਖੇਤੀਬਾੜੀ ਨੂੰ ਵੀ ਬਹੁਤ ਫਾਇਦਾ ਹੋਇਆ ਹੈ।”

ਜ਼ਮੀਨੀ ਵਿਵਾਦ ਦੇ ਚਲਦਿਆਂ ਤਿੰਨ ਕਤਲ ਕਰਕੇ ਖੁਦ ਕੀਤੀ ਖੁਦਕੁਸ਼ੀ

ਪਠਾਨਕੋਨ, 24 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਗੁਰਦਾਸਪੁਰ ਜ਼ਿਲ੍ਹੇ ਵਿੱਚ ਇਕ ਵੱਡੀ ਘਟਨਾ ਸਾਹਮਣੇ ਆਈ ਹੈ ਜਿੱਥੇ ਇਕ ਨੌਜਵਾਨ ਨੇ ਤਿੰਨ ਕਤਲ ਕਰਨ ਤੋਂ ਬਾਅਦ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਪਿੰਡ ਮੁੰਡੀ ਕਰਾਲ ਵਿੱਚ ਦੇਰ ਰਾਤ ਨੂੰ ਜ਼ਮੀਨ ਵਿਵਾਦ ਦੇ ਚਲਦਿਆਂ ਨੌਜਵਾਨ ਨੇ ਆਪਣੀ ਚਾਚੀ, ਨਾਬਾਲਗ ਚਚੇਰੇ ਭਰਾ ਦਾ ਕਤਲ ਕਰ ਦਿੱਤਾ। ਇਸ ਤੋਂ ਬਾਅਦ ਉਸ ਨੇ ਆਪਣੇ ਫੌਜੀ ਦੋਸਤ ਨੂੰ ਵੀ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਤਿੰਨ ਕਤਲ ਕਰਨ ਬਾਅਦ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ।

ਮਿਲੀ ਜਾਣਕਾਰੀ ਅਨੁਸਾਰ ਪਿੰਡ ਮੁੰਡੀ ਕਰਾਲ ਵਿੱਚ ਮਨਜੋਤ ਸਿੰਘ ਦਾ ਆਪਣੇ ਪਰਿਵਾਰ ਨਾਲ ਜ਼ਮੀਨ ਨੂੰ ਲੈ ਕੇ ਵਿਵਾਦ ਚਲਦਾ ਸੀ। ਦੇਰ ਰਾਤ ਨੂੰ ਵਿਵਾਦ ਐਨਾਂ ਵਧ ਗਿਆ ਕਿ ਮਨਜੋਤ ਨੇ ਆਪਣੀ ਸਕੀ ਚਾਚੀ ਹਰਜੀਤ ਕੌਰ ਉਤੇ ਗੋਲੀਆਂ ਚਲਾ ਦਿੱਤੀਆਂ, ਜਿਸ ਦੀ ਮੌਕੇ ਉਤੇ ਮੌਤ ਹੋ ਗਈ। ਇਸ ਤੋਂ ਬਾਅਦ 12 ਸਾਲਾ ਅਮ੍ਰਿਤਪਾਲ ਸਿੰਘ ਨੂੰ ਗੋਲੀ ਮਾਰ ਦਿੱਤੀ। ਗੋਲੀਆਂ ਦੀ ਆਵਾਜ਼ ਅਤੇ ਚੀਕਾਂ ਸੁਣ ਕੇ ਜਦੋਂ ਮਨਜੋਤ ਦਾ ਦੋਸਤ ਪ੍ਰਗਟ ਸਿੰਘ ਮੌਕੇ ਉਤੇ ਪਹੁੰਚਿਆ ਤੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਉਸ ਨੂੰ ਘਰੋਂ ਭਜਾ ਕੇ ਗੋਲੀ ਮਾਰ ਦਿੱਤੀ, ਜਿਸ ਦੀ ਮੌਤ ਹੋ ਗਈ।

ਡੇਰਾ ਬੱਲਾਂ ਮੁਖੀ ਸੰਤ ਬਾਬਾ ਨਿਰੰਜਨ ਦਾਸ ਨੂੰ ਮਿਲਿਆ ਪਦਮ ਸ਼੍ਰੀ ਪੁਰਸਕਾਰ

ਨਵੀਂ ਦਿੱਲੀ, 24 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

2026 ਦੇ ਪਦਮ ਸ੍ਰੀ ਪੁਰਸਕਾਰ ਜੇਤੂਆਂ ਨੂੰ ਦੇਸ਼ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵੱਲੋਂ ਸਨਮਾਨਤ ਕੀਤਾ ਗਿਆ। 2026 ਦੇ ਪਦਮ ਪੁਰਸਕਾਰ ਜੇਤੂਆਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੌਜੂਦਗੀ ਵਿੱਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸਨਮਾਨਿਤ ਕੀਤਾ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਪੰਜਾਬ ਦੀਆਂ ਤਿੰਨ ਸ਼ਖਸੀਅਤਾਂ ਨੂੰ ਪਦਮ ਸ੍ਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ। ਜਿਨ੍ਹਾਂ ਵਿੱਚ ਡੇਰਾ ਬੱਲਾਂ ਮੁਖੀ ਸੰਤ ਬਾਬਾ ਨਿਰੰਜਨ ਦਾਸ,  ਬਲਦੇਵ ਸਿੰਘ ਇੱਕ ਪ੍ਰਸਿੱਧ ਭਾਰਤੀ ਹਾਕੀ ਕੋਚ ਤੇ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਸ਼ਾਮਲ ਹਨ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ : ਅੱਜ ਦਾ ਹੁਕਮਨਾਮਾ

ਮੁੱਖਵਾਕ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ

24-06-2026

ਸਲੋਕ ॥

ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ ਪਉੜੀ ॥ ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥ ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥ ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾ ਮਨੁ ਰੰਜੀਐ ॥ ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ ॥ ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ ॥੧੦॥ਬੁੱਧਵਾਰ, ੧੦ ਹਾੜ (ਸੰਮਤ ੫੫੮ ਨਾਨਕਸ਼ਾਹੀ)(ਅੰਗ: ੭੦੮)

ਪੰਜਾਬੀ ਵਿਆਖਿਆ

ਹੇ ਨਾਨਕ! ਇਹ ਰਾਜ ਰੂਪ ਧਨ ਤੇ ਉੱਚੀ ਕੁਲ ਦਾ ਮਾਣ ਸਭ ਛਲ-ਰੂਪ ਹੈ। ਜੀਵ ਛਲ ਕਰ ਕੇ ਦੂਜਿਆਂ ਤੇ ਦੂਸ਼ਣ ਲਾ ਲਾ ਕੇ ਕਈ ਢੰਗਾਂ ਨਾਲ ਮਾਇਆ ਜੋੜਦੇ ਹਨ, ਪਰ ਪ੍ਰਭੂ ਦੇ ਨਾਮ ਤੋਂ ਬਿਨਾ ਕੋਈ ਭੀ ਚੀਜ਼ ਏਥੋਂ ਨਾਲ ਨਹੀਂ ਜਾਂਦੀ।੧। ਤੁੰਮਾ ਵੇਖਣ ਨੂੰ ਮੈਨੂੰ ਸੋਹਣਾ ਦਿੱਸਿਆ। ਕੀ ਇਹ ਉਕਾਈ ਲੱਗ ਗਈ? ਇਸ ਦਾ ਤਾਂ ਅੱਧੀ ਕੌਡੀ ਭੀ ਮੁੱਲ ਨਹੀਂ ਮਿਲਦਾ। ਹੇ ਨਾਨਕ! ਇਹੀ ਹਾਲ ਮਾਇਆ ਦਾ ਹੈ, ਜੀਵ ਦੇ ਭਾ ਦੀ ਤਾਂ ਇਹ ਭੀ ਕੌਡੀ ਮੁੱਲ ਦੀ ਨਹੀਂ ਹੁੰਦੀ ਕਿਉਂਕਿ ਏਥੋਂ ਤੁਰਨ ਵੇਲੇ ਇਹ ਮਾਇਆ ਜੀਵ ਦੇ ਨਾਲ ਨਹੀਂ ਜਾਂਦੀ।੨।ਉਸ ਮਾਇਆ ਨੂੰ ਇਕੱਠੀ ਕਰਨ ਦਾ ਕੀਹ ਲਾਭ, ਜੋ ਜਗਤ ਤੋਂ ਤੁਰਨ ਵੇਲੇ ਨਾਲ ਨਹੀਂ ਜਾਂਦੀ, ਜਿਸ ਤੋਂ ਆਖ਼ਰ ਵਿਛੁੜ ਹੀ ਜਾਣਾ ਹੈ, ਉਸ ਦੀ ਖ਼ਾਤਰ ਦੱਸੋ ਕੀਹ ਜਤਨ ਕਰਨਾ ਹੋਇਆ? ਪ੍ਰਭੂ ਨੂੰ ਵਿਸਾਰਿਆਂ ਨਿਰੀ ਮਾਇਆ ਨਾਲ ਰੱਜੀਦਾ ਭੀ ਨਹੀਂ ਤੇ ਨਾਹ ਹੀ ਮਨ ਪ੍ਰਸੰਨ ਹੁੰਦਾ ਹੈ। ਹੇ ਪ੍ਰਭੂ! ਕਿਰਪਾ ਕਰ, ਦਇਆ ਕਰ, ਨਾਨਕ ਦਾ ਸਹਮ ਦੂਰ ਕਰ ਦੇਹ।੧੦।

English Translation

SHALOK:

Power is fraudulent, beauty is fraudulent, and wealth is fraudulent, as is pride of ancestry. One may gather poison through deception and fraud, O Nanak, but without the Lord, nothing shall go along with him in the end. || 1 || Beholding the bitter melon, he is deceived, since it appears so pretty. But it is not worth even a shell, O Nanak; the riches of Maya will not go along with anyone. || 2 || PAUREE: It shall not go along with you when you depart — why do you bother to collect it? Tell me, why do you try so hard to acquire that which you must leave behind in the end? Forgetting the Lord, how can you be satisfied? Your mind cannot be pleased. One who forsakes God, and attaches himself to another, shall be immersed in hell. Be kind and compassionate to Nanak, O Lord, and dispel his fear. || 10 ||Wednesday, 10th Assaar (Samvat 558 Nanakshahi)(Page: 708)

ਵਿਜੀਲੈਂਸ ਬਿਊਰੋ ਵੱਲੋਂ ਇੰਸਪੈਕਟਰ 70,000 ਰੁਪਏ ਅਤੇ ਜੂਨੀਅਰ ਆਡੀਟਰ 50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ

ਚੰਡੀਗੜ੍ਹ, 23 ਜੂਨ, 2026, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਅਨੁਸਾਰ, ਖੁਰਾਕ ਅਤੇ ਸਿਵਲ ਸਪਲਾਈ ਵਿਭਾਗ, ਭੋਗਪੁਰ ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਇੰਸਪੈਕਟਰ ਰਜਨੀਸ਼ ਰਾਮਪਾਲ ਅਤੇ ਜ਼ਿਲ੍ਹਾ ਕੰਟਰੋਲਰ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜਲੰਧਰ ਵਿਖੇ ਤਾਇਨਾਤ ਜੂਨੀਅਰ ਆਡੀਟਰ ਮਾਨਵ ਭਨੋਟ ਨੂੰ ਖ਼ਰੀਫ਼ ਸੀਜ਼ਨ 2025-26 ਦੌਰਾਨ ਕਸਟਮ ਮਿਲਿੰਗ ਲਈ ਅਲਾਟ ਕੀਤੇ ਝੋਨੇ ਦੇ ਭੰਡਾਰਨ ਨੂੰ ਮੁਕੰਮਲ ਕਰਨ ਸਬੰਧੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀਆਂ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ‘ਤੇ ਚੀਮਾ ਮੰਡੀ, ਤਹਿਸੀਲ ਸੁਨਾਮ, ਜ਼ਿਲ੍ਹਾ ਸੰਗਰੂਰ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਇੱਕ ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਪਾਇਆ ਗਿਆ ਕਿ ਮੁਲਜ਼ਮ ਰਜਨੀਸ਼ ਰਾਮਪਾਲ ਨੇ ਸ਼ਿਕਾਇਤਕਰਤਾ ਦੇ ਸ਼ੈਲਰ ਵਿੱਚ ਝੋਨੇ ਦੇ ਭੰਡਾਰਨ ਨੂੰ ਮੁਕੰਮਲ ਕਰਨ ਲਈ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 50,000 ਰੁਪਏ ਲਏ ਸਨ ਅਤੇ ਬਾਅਦ ਵਿੱਚ ਗੁਰਵਿੰਦਰ ਸਿੰਘ, ਏਐਫਐਸਓ, ਖੁਰਾਕ ਅਤੇ ਸਿਵਲ ਸਪਲਾਈ ਵਿਭਾਗ, ਭੋਗਪੁਰ ਦੇ ਨਾਮ ‘ਤੇ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 20,000 ਰੁਪਏ ਲਏ ਸਨ।

ਉਨ੍ਹਾਂ ਅੱਗੇ ਕਿਹਾ ਕਿ ਦੋਸ਼ੀ ਮਾਨਵ ਭਨੋਟ, ਜੂਨੀਅਰ ਆਡੀਟਰ, ਨੇ ਸ਼ਿਕਾਇਤਕਰਤਾ ਤੋਂ ਆਪਣੇ ਲਈ ਅਤੇ ਨਰਿੰਦਰ ਸਿੰਘ, ਜ਼ਿਲ੍ਹਾ ਕੰਟਰੋਲਰ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜਲੰਧਰ ਦੇ ਨਾਮ ‘ਤੇ ਸ਼ਿਕਾਇਤਕਰਤਾ ਦੇ ਸ਼ੈਲਰ ਵਿੱਚ ਝੋਨੇ ਦੀ ਸਟੋਰੇਜ ਪੂਰੀ ਕਰਨ ਲਈ ਰਿਸ਼ਵਤ ਵਜੋਂ 50,000 ਰੁਪਏ ਲਏ ਸਨ। ਇਸ ਸਬੰਧੀ ਸ਼ਿਕਾਇਤਕਰਤਾ ਵੱਲੋਂ ਤਿਆਰ ਕੀਤੀਆਂ ਗਈਆਂ ਵੀਡੀਓ ਰਿਕਾਰਡਿੰਗਾਂ ਨੇ ਦੋਵਾਂ ਮੁਲਜ਼ਮਾਂ ਵਿਰੁੱਧ ਦੋਸ਼ਾਂ ਨੂੰ ਸਾਬਤ ਕੀਤਾ।

ਇਸ ਸਬੰਧੀ ਇਨ੍ਹਾਂ ਮੁਲਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਜਾਂਚ ਦੌਰਾਨ ਹੋਰ ਸ਼ੱਕੀ ਅਧਿਕਾਰੀਆਂ/ਕਰਮਚਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ PPCL ਵਿੱਚ ਨਿਯੁਕਤ ਹੋਏ 665 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਬਠਿੰਡਾ; 23 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰੀ ਨੌਕਰੀਆਂ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ। ਇੱਥੋਂ ਤੱਕ ਕਿ ਵਿਦੇਸ਼ ਗਏ ਨੌਜਵਾਨ ਵੀ ਹੁਣ ਸਰਕਾਰ ਦੀ ਪਾਰਦਰਸ਼ੀ ਅਤੇ ਯੋਗਤਾ-ਅਧਾਰਤ ਭਰਤੀ ਨੀਤੀ ਰਾਹੀਂ ਰੁਜ਼ਗਾਰ ਪ੍ਰਾਪਤ ਕਰਨ ਲਈ ਸੂਬੇ ਵਿੱਚ ਵਾਪਸ ਮੁੜ ਰਹੇ ਹਨ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਵਿੱਚ ਨਵੇਂ ਭਰਤੀ ਹੋਏ 665 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੇ ਸਿਰਫ਼ ਸਾਢੇ ਚਾਰ ਸਾਲਾਂ ਵਿੱਚ 68268 ਸਰਕਾਰੀ ਨੌਕਰੀਆਂ ਪ੍ਰਦਾਨ ਕਰਕੇ ਰਿਕਾਰਡ ਬਣਾਇਆ ਹੈ, ਜਿਸ ਨਾਲ ਰਿਸ਼ਵਤ ਜਾਂ ਸਿਫ਼ਾਰਸ਼ਾਂ ਨਾਲ ਨੌਕਰੀਆਂ ਲੈਣ ਦੇ ਯੁੱਗ ਦਾ ਪੂਰੀ ਤਰ੍ਹਾਂ ਅੰਤ ਹੋ ਗਿਆ ਹੈ।

ਮੁੱਖ ਮੰਤਰੀ ਨੇ ਵਿਦੇਸ਼ਾਂ ਵਿੱਚ ਕੰਮ ਕਰਨ ਵਾਲੇ ਪੰਜਾਬੀਆਂ ਨੂੰ ਆਪਣੀ ਮਾਤ ਭੂਮੀ ਵਾਪਸ ਮੁੜ ਦੀ ਅਪੀਲ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਵੱਲੋਂ ਉਨ੍ਹਾਂ ਨੂੰ ਨਿਯਮਤ ਰੁਜ਼ਗਾਰ ਦੇ ਮੌਕੇ ਦਿੱਤੇ ਜਾਣਗੇ ਅਤੇ ਉਨ੍ਹਾਂ ਨੂੰ ਪੰਜਾਬ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਅਪਣਾਈ ਗਈ ਪਾਰਦਰਸ਼ੀ ਭਰਤੀ ਪ੍ਰਕਿਰਿਆ ਨੇ ਨੌਜਵਾਨਾਂ ਦਾ ਸਿਸਟਮ ਵਿੱਚ ਭਰੋਸਾ ਬਹਾਲ ਕੀਤਾ ਹੈ ਅਤੇ ਵਿਦੇਸ਼ਾਂ ਵਿੱਚ ਗਏ ਨੌਜਵਾਨ ਹੁਣ ਦੇਸ਼ ਮੁੜਨ ਲੱਗੇ ਹਨ।

ਇਸ ਬਾਰੇ ਐਕਸ ਉੱਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਖਿਆ, “ਬਠਿੰਡਾ ਵਿੱਚ ਨਿਯੁਕਤੀ ਪੱਤਰ ਵੰਡ ਸਮਾਰੋਹ ਵਿੱਚ, ਪੰਜਾਬ ਦੀ ਤਰੱਕੀ ਅਤੇ ਇਸਦੇ ਨੌਜਵਾਨਾਂ ਲਈ ਇੱਕ ਉੱਜਵਲ ਭਵਿੱਖ ਨੂੰ ਸੁਰੱਖਿਅਤ ਕਰਨ ਦੇ ਉਦੇਸ਼ ਨਾਲ ਕਈ ਵੱਡੇ ਫੈਸਲੇ ਸਾਂਝੇ ਕੀਤੇ ਗਏ। ਪਿਛਲੀਆਂ ਸਰਕਾਰਾਂ ਵੱਲੋਂ ਅਪਣਾਏ ਗਏ ਰਿਸ਼ਵਤਖੋਰੀ ਅਤੇ ਸਿਫਾਰਸ਼ਾਂ ਦੇ ਭ੍ਰਿਸ਼ਟ ਅਮਲਾਂ ਨੂੰ ਪੂਰੀ ਤਰ੍ਹਾਂ ਖਤਮ ਕਰਕੇ ਤੁਹਾਡੀ ਸਰਕਾਰ ਨੇ ਹੁਣ ਤੱਕ ਯੋਗਤਾ ਦੇ ਆਧਾਰ ’ਤੇ ਨੌਜਵਾਨਾਂ ਨੂੰ 68268 ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਇਸ ਪਾਰਦਰਸ਼ੀ ਭਰਤੀ ਨੀਤੀ ਦੇ ਕਾਰਨ, ਉਹ ਨੌਜਵਾਨ ਵੀ ਜੋ ਵਿਦੇਸ਼ ਚਲੇ ਗਏ ਸਨ, ਹੁਣ ਪੰਜਾਬ ਵਾਪਸ ਆ ਰਹੇ ਹਨ।’’

ਮੁੱਖ ਮੰਤਰੀ ਨੇ ਕਿਹਾ, “ਸਿੱਖਿਆ ਖੇਤਰ ਵਿੱਚ ਇਤਿਹਾਸਕ ਸੁਧਾਰਾਂ ਕਾਰਨ ਪੰਜਾਬ ਅੱਜ ਸਕੂਲ ਸਿੱਖਿਆ ਵਿੱਚ ਦੇਸ਼ ਦੇ ਮੋਹਰੀ ਸੂਬੇ ਵਜੋਂ ਉਭਰਿਆ ਹੈ। ਸਰਕਾਰੀ ਕਰਮਚਾਰੀਆਂ, ਖਾਸ ਕਰਕੇ ਮਹਿਲਾ ਕਰਮਚਾਰੀਆਂ ਦੀ ਭਲਾਈ ਦੇ ਉਦੇਸ਼ ਨਾਲ ਇੱਕ ਹੋਰ ਵੱਡੇ ਫੈਸਲੇ ਦਾ ਐਲਾਨ ਕੀਤਾ ਗਿਆ ਕਿ ਉਨ੍ਹਾਂ ਦੇ ਪਰਖ-ਕਾਲ ਦੀ ਮਿਆਦ ਪੂਰੀ ਹੋਣ ਤੋਂ ਬਾਅਦ ਉਨ੍ਹਾਂ ਨੂੰ ਉਨ੍ਹਾਂ ਦੇ ਘਰਾਂ ਦੇ 40 ਕਿਲੋਮੀਟਰ ਦੇ ਘੇਰੇ ਵਿੱਚ ਤਾਇਨਾਤ ਕੀਤਾ ਜਾਵੇਗਾ ਤਾਂ ਜੋ ਉਹ ਪਰਿਵਾਰਕ ਅਤੇ ਕੰਮਕਾਜੀ ਜੀਵਨ ਵਿੱਚ ਸੰਤੁਲਨ ਬਣਾ ਕੇ ਰੱਖ ਸਕਣ।”

ਪੋਸਟ ਦੇ ਅੰਤ ਵਿੱਚ ਉਨ੍ਹਾਂ ਕਿਹਾ, “ਸਖ਼ਤ ਮਿਹਨਤ, ਇਮਾਨਦਾਰੀ ਅਤੇ ਜਨਤਕ ਸੇਵਾ ਸਾਡੀ ਸਰਕਾਰ ਦੇ ਮੁੱਢਲੇ ਸਿਧਾਂਤ ਹਨ। ਹਰੇਕ ਯੋਗ ਨੌਜਵਾਨ ਨੂੰ ਬਰਾਬਰ ਮੌਕੇ ਪ੍ਰਦਾਨ ਕਰਕੇ ਅਸੀਂ ਇੱਕ ਜੀਵੰਤ ਅਤੇ ਖੁਸ਼ਹਾਲ ਰੰਗਲਾ ਪੰਜਾਬ ਦੀ ਸਿਰਜਣਾ ਵੱਲ ਤੇਜ਼ੀ ਨਾਲ ਵਧ ਰਹੇ ਹਾਂ।’’

ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਪੱਖਪਾਤੀ ਪ੍ਰਣਾਲੀ ਕਾਰਨ ਬਹੁਤ ਸਾਰੇ ਨੌਜਵਾਨ ਪੰਜਾਬ ਛੱਡ ਕੇ ਵਿਦੇਸ਼ਾਂ ਵਿੱਚ ਵਸ ਗਏ ਸਨ, ਪਰ ਹੁਣ ਇਸ ਰੁਝਾਨ ਵਿੱਚ ਮੋੜਾ ਪੈਣ ਲੱਗਾ ਹੈ ਤੇ ਨੌਜਵਾਨ ਵਾਪਸ ਪੰਜਾਬ ਆ ਰਹੇ ਹਨ। ਉਨ੍ਹਾਂ ਕਿਹਾ,‘‘ਹੁਣ ਚੀਜ਼ਾਂ ਬਦਲ ਗਈਆਂ ਹਨ। ਇਸ ਬਦਲਾਅ ਦਾ ਪ੍ਰਮਾਣ ਇਸ ਤੱਥ ਤੋਂ ਦੇਖਿਆ ਜਾ ਸਕਦਾ ਹੈ ਕਿ ਅੱਜ ਇੱਥੇ ਮੌਜੂਦ ਇੱਕ ਕੁੜੀ ਨੂੰ ਤਿੰਨ ਨੌਕਰੀਆਂ ਮਿਲੀਆਂ ਹਨ ਅਤੇ ਉਹ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਸਫਲ ਉਮੀਦਵਾਰਾਂ ਵਿੱਚੋਂ ਇੱਕ ਹੈ। ਇਹ ਇੱਕ ਨਵਾਂ ਯੁੱਗ ਹੈ। ਮੈਂ ਨੌਜਵਾਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਵਿਦੇਸ਼ਾਂ ਵਿੱਚ ਰਹਿੰਦੇ ਆਪਣੇ ਦੋਸਤਾਂ ਅਤੇ ਰਿਸ਼ਤੇਦਾਰਾਂ ਨੂੰ ਪੰਜਾਬ ਵਾਪਸ ਬੁਲਾਉਣ, ਉਨ੍ਹਾਂ ਨੂੰ ਨੌਕਰੀਆਂ ਅਸੀਂ ਦੇਵਾਂਗੇ।’’

ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਤਸੱਲੀ ਦੀ ਗੱਲ ਹੈ ਕਿ ਸੂਬਾ ਸਰਕਾਰ ਨੇ ਪੰਜਾਬ ਦੇ ਨੌਜਵਾਨਾਂ ਨੂੰ ਲਗਪਗ 68268 ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ। ਉਨ੍ਹਾਂ ਕਿਹਾ, “ਪੰਜਾਬ ਵਿੱਚ ਰਿਸ਼ਵਤ ਅਤੇ ਭਾਈ-ਭਤੀਜਾਵਾਦ ਦਾ ਯੁੱਗ ਖਤਮ ਹੋ ਗਿਆ ਹੈ। ਹੁਣ ਪੰਜਾਬ ਦੇ ਨੌਜਵਾਨ ਸਿਰਫ਼ ਮੈਰਿਟ ਅਤੇ ਯੋਗਤਾ ਦੇ ਆਧਾਰ ’ਤੇ ਸਰਕਾਰੀ ਨੌਕਰੀਆਂ ਪ੍ਰਾਪਤ ਕਰ ਹਹੇ ਹਨ ਅਤੇ ਸੂਬਾ ਸਰਕਾਰ ਵੱਲੋਂ ਅਪਣਾਈ ਗਈ ਪਾਰਦਰਸ਼ੀ ਭਰਤੀ ਪ੍ਰਕਿਰਿਆ ਸਦਕਾ ਇੱਕ ਵੀ ਨਿਯੁਕਤੀ ਨੂੰ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ ਹੈ।’’

ਮੁੱਖ ਮੰਤਰੀ ਨੇ ਉਮੀਦ ਪ੍ਰਗਟਾਈ ਕਿ ਨਵ-ਨਿਯੁਕਤ ਨੌਜਵਾਨ ਆਪਣੇ ਅਹੁਦਿਆਂ ਦੀ ਵਰਤੋਂ ਸਮਾਜ ਦੇ ਲੋੜਵੰਦ ਅਤੇ ਪਛੜੇ ਵਰਗਾਂ ਦੀ ਸੇਵਾ ਲਈ ਕਰਨਗੇ। ਉਨ੍ਹਾਂ ਕਿਹਾ, “ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਲੋਕਾਂ ਦੀ ਵੱਧ ਤੋਂ ਵੱਧ ਭਲਾਈ ਯਕੀਨੀ ਬਣਾਉਣੀ ਚਾਹੀਦੀ ਹੈ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਇਸ ਦਾ ਲਾਭ ਮਿਲ ਸਕੇ। ਇਹ ਭਰਤੀਆਂ ਪੂਰੀ ਤਰ੍ਹਾਂ ਪਾਰਦਰਸ਼ੀ ਪ੍ਰਕਿਰਿਆ ਰਾਹੀਂ ਕੀਤੀਆਂ ਗਈਆਂ ਹਨ ਅਤੇ ਨੌਜਵਾਨਾਂ ਨੇ ਸਖ਼ਤ ਮੁਕਾਬਲੇ ਵਿੱਚ ਪ੍ਰੀਖਿਆਵਾਂ ਪਾਸ ਕਰਨ ਤੋਂ ਬਾਅਦ ਨੌਕਰੀਆਂ ਹਾਸਲ ਕੀਤੀਆਂ ਹਨ।”

ਨਵ-ਨਿਯੁਕਤ ਅਧਿਕਾਰੀਆਂ ਦੇ ਜੀਵਨ ਵਿੱਚ ਸਫਲ ਹੋਣ ਦੀ ਕਾਮਨਾ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਵੱਡੇ ਸੁਪਨੇ ਦੇਖਣ ਅਤੇ ਉਨ੍ਹਾਂ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਖ਼ਤ ਮਿਹਨਤ ਕਰਦੇ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ, “ਤੁਹਾਨੂੰ ਸਿਰਫ਼ ਇਸ ਲਈ ਮਾਣ ਨਹੀਂ ਕਰਨਾ ਚਾਹੀਦਾ ਕਿ ਤੁਸੀਂ ਇਹ ਨੌਕਰੀਆਂ ਪ੍ਰਾਪਤ ਕਰ ਲਈਆਂ ਹਨ। ਨਿਮਰ ਰਹੋ ਅਤੇ ਜ਼ਿੰਦਗੀ ਵਿੱਚ ਵੱਡੀ ਸਫਲਤਾ ਲਈ ਸਖ਼ਤ ਮਿਹਨਤ ਕਰਦੇ ਰਹੋ। ਇਨ੍ਹਾਂ ਅਹੁਦਿਆਂ ਨੂੰ ਪ੍ਰਾਪਤ ਕਰਨ ਤੋਂ ਬਾਅਦ ਵੀ ਹਮੇਸ਼ਾ ਜ਼ਮੀਨ ਨਾਲ ਜੁੜੇ ਰਹੋ ਅਤੇ ਸਖ਼ਤ ਮਿਹਨਤ ਕਰਦੇ ਰਹੋ ਕਿਉਂਕਿ ਇਹੋ ਸਫਲਤਾ ਦੀ ਕੁੰਜੀ ਹੈ। ਤੁਹਾਨੂੰ ਇਸ ਮੰਚ ਦੀ ਵਰਤੋਂ ਜ਼ਿੰਦਗੀ ਵਿੱਚ ਵੱਡੀ ਸਫਲਤਾ ਪ੍ਰਾਪਤ ਕਰਨ ਲਈ ਕਰਨੀ ਚਾਹੀਦੀ ਹੈ ਅਤੇ ਨਾਲ ਹੀ ਚੰਗੇ ਇਨਸਾਨ ਬਣਨਾ ਚਾਹੀਦਾ ਹੈ।”

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਿੱਖਿਆ ਨੂੰ ਤਰਜੀਹ ਦਿੱਤੀ ਹੈ ਅਤੇ ਲੋਕਾਂ ਦੇ ਜੀਵਨ ਨੂੰ ਬਦਲਣ ਲਈ ਇਸ ਖੇਤਰ ਵਿੱਚ ਅਹਿਮ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਅੱਗੇ ਕਿਹਾ, “ਕੋਈ ਵੀ ’ਮੁਫ਼ਤ’ ਮਿਲੀ ਚੀਜ਼ ਜਾਂ ਰਿਆਇਤ ਕਾਰਡ ਸੂਬੇ ਵਿੱਚੋਂ ਗਰੀਬੀ ਜਾਂ ਹੋਰ ਸਮਾਜਿਕ ਬੁਰਾਈਆਂ ਨੂੰ ਖਤਮ ਨਹੀਂ ਕਰ ਸਕਦਾ। ਸਿੱਖਿਆ ਹੀ ਉਹ ਕੁੰਜੀ ਹੈ, ਜੋ ਲੋਕਾਂ ਦੇ ਜੀਵਨ ਪੱਧਰ ਨੂੰ ਸੁਧਾਰ ਕੇ ਇਸ ਘੁੰਮਣ-ਘੇਰੀ ਵਿੱਚੋਂ ਬਾਹਰ ਕੱਢ ਸਕਦੀ ਹੈ। ਇਸ ਲਈ ਸਾਡੀ ਸਰਕਾਰ ਸਿੱਖਿਆ ਦੇ ਮਿਆਰ ਨੂੰ ਹੋਰ ਬਿਹਤਰ ਬਣਾਉਣ ਅਤੇ ਆਮ ਲੋਕਾਂ ਨੂੰ ਸਸ਼ਕਤ ਬਣਾਉਣ ਲਈ ਅਣਥੱਕ ਯਤਨ ਕਰ ਰਹੀ ਹੈ।’’

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਸਖ਼ਤ ਯਤਨਾਂ ਸਦਕਾ ਪੰਜਾਬ ਨੇ ਪ੍ਰਾਇਮਰੀ ਅਤੇ ਮਿਡਲ-ਸਕੂਲ ਸਿੱਖਿਆ ਵਿੱਚ ਕੇਰਲਾ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਅੱਗੇ ਕਿਹਾ, “ਸਾਡੀ ਸਰਕਾਰ ਨੇ ਪ੍ਰਾਇਮਰੀ ਅਤੇ ਮਿਡਲ-ਸਕੂਲ ਸਿੱਖਿਆ ਨੂੰ ਅਪਗ੍ਰੇਡ ਕੀਤਾ, ਸਿਸਟਮ ਨੂੰ ਮਜ਼ਬੂਤ ਕੀਤਾ, ਸਮਾਰਟ ਕਲਾਸਰੂਮ ਸ਼ੁਰੂ ਕੀਤੇ ਅਤੇ ਅਧਿਆਪਕਾਂ ਨੂੰ ਉੱਨਤ ਸਿਖਲਾਈ ਪ੍ਰਦਾਨ ਕੀਤੀ ਹੈ। ਇਨ੍ਹਾਂ ਯਤਨਾਂ ਦੇ ਸਿੱਟੇ ਵਜੋਂ ਪੰਜਾਬ ਸਕੂਲ ਸਿੱਖਿਆ ਖੇਤਰ ਵਿੱਚ ਉੱਤਮ ਪ੍ਰਦਰਸ਼ਨ ਕਰ ਰਿਹਾ ਹੈ। ਭਾਰਤ ਸਰਕਾਰ ਦੇ ਪ੍ਰਮੁੱਖ ਸੰਸਥਾਨਾਂ ਵਿੱਚੋਂ ਇੱਕ, (ਨੈਸ਼ਨਲ ਇੰਸਟੀਚਿਊਸ਼ਨ ਫਾਰ ਟਰਾਂਸਫਾਰਮਿੰਗ ਇੰਡੀਆ) ਆਯੋਗ ਦੇ ਜਾਰੀ ਅੰਕੜੇ ਦਰਸਾਉਂਦੇ ਹਨ ਕਿ ਪੰਜਾਬ ਨੇ ਪ੍ਰਾਇਮਰੀ ਅਤੇ ਮਿਡਲ-ਸਕੂਲ ਸਿੱਖਿਆ ਵਿੱਚ ਕੇਰਲਾ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜ ਕੇ ਮੋਹਰੀ ਸਥਾਨ ਹਾਸਲ ਕੀਤਾ ਹੈ।’’

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਸੂਬਾ ਸਰਕਾਰ ਨੇ ਅਧਿਆਪਕ ਸਿਖਲਾਈ, ਆਧੁਨਿਕ ਸਿੱਖਿਆ ਵਿਧੀਆਂ ਅਤੇ ਸਮਾਰਟ ਕਲਾਸਰੂਮਾਂ ’ਤੇ ਧਿਆਨ ਕੇਂਦਰਿਤ ਕੀਤਾ ਹੈ। ਉਨ੍ਹਾਂ ਅੱਗੇ ਕਿਹਾ, “ਪਹਿਲਾਂ ਕੇਰਲਾ ਪਹਿਲੇ ਸਥਾਨ ’ਤੇ ਸੀ, ਪਰ ਹੁਣ ਪੰਜਾਬ ਨੇ ਵੱਡੇ ਫਰਕ ਨਾਲ ਪਹਿਲਾ ਹਾਸਲ ਕਰ ਲਿਆ ਹੈ। ਭਵਿੱਖ ਵਿੱਚ ਵੀ ਅਜਿਹੇ ਹੋਰ ਯਤਨ ਕੀਤੇ ਜਾਣਗੇ। ਸਿੱਖਿਆ ਉਹ ਚਾਨਣ ਹੈ, ਜੋ ਹਨੇਰੇ ਨੂੰ ਦੂਰ ਕਰਕੇ ਕੁੱਲ ਆਲਮ ਨੂੰ ਰੁਸ਼ਨਾ ਦਿੰਦੀ ਹੈ ਅਤੇ ਇਸੇ ਲਈ ਸੂਬਾ ਸਰਕਾਰ ਇਸ ’ਤੇ ਵਿਸ਼ੇਸ਼ ਜ਼ੋਰ ਦੇ ਰਹੀ ਹੈ।’’

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਦ੍ਰਿੜ ਭਰੋਸਾ ਹੈ ਕਿ ਆਰਥਿਕ ਤੌਰ ‘ਤੇ ਕਮਜ਼ੋਰ ਹਰ ਬੱਚੇ ਨੂੰ ਮਿਆਰੀ ਸਿੱਖਿਆ ਤੱਕ ਪਹੁੰਚ ਦਾ ਹੱਕ ਹੈ। ਉਨ੍ਹਾਂ ਅੱਗੇ ਕਿਹਾ, “ਸਾਡੀ ਸਰਕਾਰ ਸਿੱਖਿਆ ਖੇਤਰ ਨੂੰ ਹੁਲਾਰਾ ਦੇਣ ਲਈ ਠੋਸ ਯਤਨ ਕਰ ਰਹੀ ਹੈ। ਸਾਡੀਆਂ ਪਹਿਲਕਦਮੀਆਂ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਆਮ ਪਰਿਵਾਰਾਂ ਦੇ ਬੱਚਿਆਂ ਨੂੰ ਹੋਰਨਾਂ ਦੇ ਬਰਾਬਰ ਉੱਤਮਤਾ ਪ੍ਰਾਪਤ ਕਰਨ ਦੇ ਮੌਕੇ ਮਿਲਣ। ਸਿੱਖਿਆ ਭਵਿੱਖ ਦੀਆਂ ਪੀੜ੍ਹੀਆਂ ਨੂੰ ਸਸ਼ਕਤ ਬਣਾਉਣ ਅਤੇ ਖੁਸ਼ਹਾਲ ਪੰਜਾਬ ਬਣਾਉਣ ਲਈ ਸਭ ਤੋਂ ਮਜ਼ਬੂਤ ਸਾਧਨ ਹੈ ਅਤੇ ਸਾਡੀ ਸਰਕਾਰ ਇਸਨੂੰ ਮਜ਼ਬੂਤ ਕਰਨ ਵਿੱਚ ਕੋਈ ਕਸਰ ਨਹੀਂ ਛੱਡੇਗੀ।’’

ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਦੇ ਸਖ਼ਤ ਯਤਨਾਂ ਸਦਕਾ, ਪੰਜਾਬ ਬੁਨਿਆਦੀ ਸਿੱਖਿਆ, ਡਿਜੀਟਲ ਬੁਨਿਆਦੀ ਢਾਂਚੇ ਅਤੇ ਸਕੂਲ ਸਹੂਲਤਾਂ ਵਿੱਚ ਦੇਸ਼ ਦੀ ਅਗਵਾਈ ਕਰਦਾ ਹੈ, ਜਿਸ ਵਿੱਚ ਰਾਜ ਭਾਸ਼ਾ ਅਤੇ ਗਣਿਤ ਵਿੱਚ ਕੇਰਲਾ ਨਾਲੋਂ ਵੱਧ ਅੰਕ ਪ੍ਰਾਪਤ ਕੀਤੇ ਹਨ। ਉਨ੍ਹਾਂ ਕਿਹਾ, “ਪੰਜਾਬ ਨੇ ਸਕੂਲਾਂ ਵਿੱਚ 99.9 ਫ਼ੀਸਦ ਬਿਜਲੀ ਸਹੂਲਤਾਂ ਉਪਲਬਧ ਹਨ, ਜਦੋਂ ਕਿ ਕੰਪਿਊਟਰ ਦੀ ਉਪਲਬਧਤਾ 99 ਫ਼ੀਸਦ ਹੈ। ਜਦੋਂ ਮੈਂ ਅਹੁਦਾ ਸੰਭਾਲਿਆ ਸੀ ਉਸ ਸਮੇਂ ਸਕੂਲ ਸਿੱਖਿਆ ਵਿੱਚ ਪੰਜਾਬ 27ਵੇਂ ਸਥਾਨ ’ਤੇ ਸੀ, ਜੋ ਅੱਜ ਪੰਜਾਬ ਪਹਿਲੇ ਨੰਬਰ ’ਤੇ ਪਹੁੰਚ ਗਿਆ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੇ ਟੈਕਸ ਦਾ ਪੈਸਾ ਸੂਬੇ ਦਾ ਹੈ ਅਤੇ ਸਰਕਾਰ ਇਸਨੂੰ ਲੋਕਾਂ ਦੀ ਭਲਾਈ ਲਈ ਸਮਝਦਾਰੀ ਨਾਲ ਖਰਚ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ, “ਲੋਕਾਂ ਦਾ ਪੈਸਾ ਵਿਕਾਸ ਕਾਰਜਾਂ, ਸਕੂਲਾਂ, ਹਸਪਤਾਲਾਂ ਅਤੇ ਸੜਕਾਂ ਰਾਹੀਂ ਲੋਕਾਂ ਕੋਲ ਵਾਪਸ ਆ ਰਿਹਾ ਹੈ। ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ। ਅਸੀਂ 90 ਫ਼ੀਸਦ ਘਰਾਂ ਨੂੰ ਮੁਫ਼ਤ ਬਿਜਲੀ ਪ੍ਰਦਾਨ ਕੀਤੀ ਹੈ, ਸੜਕਾਂ ਨੂੰ ਬਿਹਤਰ ਬਣਾਇਆ ਹੈ, ਟੋਲ ਪਲਾਜ਼ਾ ਬੰਦ ਕੀਤੇ ਹਨ ਜਿਸ ਨਾਲ ਰੋਜ਼ਾਨਾ 70 ਲੱਖ ਰੁਪਏ ਦੀ ਬਚਤ ਹੋਈ ਹੈ ਅਤੇ ਲਗਾਤਾਰ ਬੁਨਿਆਦੀ ਢਾਂਚਾ ਉਸਾਰਿਆ ਜਾ ਰਿਹਾ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਮੌਜੂਦਾ ਸਰਕਾਰ ਨੇ ਅਹੁਦਾ ਸੰਭਾਲਿਆ ਸੀ ਤਾਂ ਸਿੰਚਾਈ ਦੇ ਉਦੇਸ਼ਾਂ ਲਈ ਸਿਰਫ਼ 22 ਫ਼ੀਸਦ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾ ਰਹੀ ਸੀ, ਪਰ ਅੱਜ ਇਹ ਅੰਕੜਾ 80 ਫ਼ੀਸਦ ਤੋਂ ਪਾਰ ਹੋ ਗਿਆ ਹੈ।

ਮੁੱਖ ਮੰਤਰੀ ਨੇ ਦੁਹਰਾਇਆ ਕਿ ਉਨ੍ਹਾਂ ਦੀ ਸਰਕਾਰ ਨੇ ਪੰਜਾਬ ਦੇ ਹਰ ਕੋਨੇ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਕਿਸਾਨਾਂ ਦੀ ਸਹੂਲਤ ਵਾਸਤੇ ਸੂਬੇ ਭਰ ਵਿੱਚ 14,000 ਕਿਲੋਮੀਟਰ ਪਾਈਪਾਂ ਅਤੇ ਖ਼ਾਲ਼ ਬਣਾਏ ਹਨ। ਉਨ੍ਹਾਂ ਅੱਗੇ ਕਿਹਾ, “ਨਹਿਰਾਂ ਅਤੇ ਦਰਿਆਵਾਂ ਵਿੱਚ ਰੀਚਾਰਜ ਪੁਆਇੰਟ ਬਣਾਏ ਗਏ ਹਨ ਤਾਂ ਜੋ ਧਰਤੀ ਹੇਠ ਪਾਣੀ ਦਾ ਪੱਧਰ ਵਧਾਇਆ ਜਾ ਸਕੇ। ਨਤੀਜੇ ਵਜੋਂ ਪਾਣੀ ਦਾ ਪੱਧਰ ਦੋ ਤੋਂ ਚਾਰ ਮੀਟਰ ਵਧਿਆ ਹੈ। ਇਹ ਫੈਸਲਾ ਆਉਣ ਵਾਲੀਆਂ ਪੀੜ੍ਹੀਆਂ ਦੀ ਭਲਾਈ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ ਕਿਉਂਕਿ ਪੰਜਾਬ ਖੇਤੀ ਪ੍ਰਦਾਨ ਸੂਬਾ ਹੈ ਅਤੇ ਪਾਣੀ ਤੋਂ ਬਿਨਾਂ ਸੂਬੇ ਦਾ ਕੋਈ ਵਜੂਦ ਨਹੀਂ।”

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਪੰਜਾਬ ਦੇ ਸਾਰੇ 65 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਅੱਗੇ ਕਿਹਾ,“ਇਸ ਯੋਜਨਾ ਤਹਿਤ ਹਰ ਪਰਿਵਾਰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦਾ ਹੱਕਦਾਰ ਹੈ ਅਤੇ 30 ਲੱਖ ਤੋਂ ਵੱਧ ਲਾਭਪਾਤਰੀ ਪਹਿਲਾਂ ਹੀ ਸਿਹਤ ਕਾਰਡ ਪ੍ਰਾਪਤ ਕਰ ਚੁੱਕੇ ਹਨ। ਇਸ ਯੋਜਨਾ ਤਹਿਤ ਲੱਖਾਂ ਲੋਕਾਂ ਨੇ ਮੁਫ਼ਤ ਇਲਾਜ ਦਾ ਲਾਭ ਉਠਾਇਆ ਹੈ ਅਤੇ ਮੈਂ ਲੋਕਾਂ ਨੂੰ ਇਨ੍ਹਾਂ ਸਿਹਤ ਕਾਰਡਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕਰਦਾ ਹਾਂ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਝੋਨੇ ਦੇ ਸੀਜ਼ਨ ਦੌਰਾਨ ਖੇਤੀਬਾੜੀ ਟਿਊਬਵੈੱਲਾਂ ਨੂੰ ਅੱਠ ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਸਪਲਾਈ ਕੀਤੀ ਗਈ ਹੈ। ਕਿਸਾਨਾਂ ਨੂੰ ਹੁਣ ਪਹਿਲੀ ਵਾਰ ਸਿੰਚਾਈ ਲਈ ਦਿਨ ਵੇਲੇ ਬਿਜਲੀ ਮਿਲ ਰਹੀ ਹੈ, ਜਿਸ ਨਾਲ ਉਨ੍ਹਾਂ ਦੀ ਜ਼ਿੰਦਗੀ ਬਦਲ ਗਈ ਹੈ।”

ਮਾਵਾਂ ਧੀਆਂ ਸਤਿਕਾਰ ਯੋਜਨਾ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ 1 ਜੁਲਾਈ ਤੋਂ ਇਸ ਯੋਜਨਾ ਨੂੰ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਅੱਗੇ ਕਿਹਾ, “ਇਸ ਯੋਜਨਾ ਤਹਿਤ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਨੂੰ 1,000 ਰੁਪਏ ਅਤੇ ਅਨੁਸੂਚਿਤ ਜਾਤੀ ਨਾਲ ਸਬੰਧਤ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਮਿਲੇਗਾ।”

ਮੁੱਖ ਮੰਤਰੀ ਨੇ ਦੱਸਿਆ ਕਿ ਕਈ ਸਰਕਾਰਾਂ ਆਈਆਂ ਅਤੇ ਗਈਆਂ, ਪਰ ਉਨ੍ਹਾਂ ਵਿੱਚੋਂ ਕਿਸੇ ਨੇ ਵੀ ਲੋਕਾਂ ਦੀ ਭਲਾਈ ਦੀ ਪਰਵਾਹ ਨਹੀਂ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਨ੍ਹਾਂ ਪਾਰਟੀਆਂ ਨੇ ਆਪਸ ਵਿੱਚ ਮਿਲ ਕੇ ਰਾਜ ਕੀਤਾ ਅਤੇ ਸੂਬੇ ਦੇ ਭੋਲੇ-ਭਾਲੇ ਲੋਕਾਂ ਨੂੰ ਲੁੱਟਿਆ। ਪੰਜਾਬ ਦੇ ਲੋਕਾਂ ਨੇ ‘ਝਾੜੂ’ (ਆਪ ਦਾ ਚੋਣ ਚਿੰਨ੍ਹ) ਨੂੰ ਵੋਟ ਦਿੱਤੀ ਅਤੇ ਇਸ ਦੇ ਨਤੀਜੇ ਵਜੋਂ ਸਕੂਲਾਂ, ਹਸਪਤਾਲਾਂ ਅਤੇ ਹੋਰ ਖੇਤਰਾਂ ਵਿੱਚ ਤਬਦੀਲੀ ਆਈ।”

ਇਸ ਤੋਂ ਪਹਿਲਾਂ ਸਫ਼ਲ ਉਮੀਦਵਾਰਾਂ ਜੀਆ ਗਰਗ, ਅਮਨਦੀਪ ਸਿੰਘ ਪੰਨੂ, ਲਾਭਦੀਪ ਸਿੰਘ, ਰਬਿੰਦਰ ਸਿੰਘ ਟੱਕਰ, ਕੀਰਤੀ, ਪੁਸ਼ਪਿੰਦਰ, ਅਕਾਲਜੋਤ ਸਿੰਘ, ਹਰਸ਼, ਸੁਮਨਪ੍ਰੀਤ ਸਿੰਘ, ਜਤਿੰਦਰ ਸਿੰਘ, ਜੁਗਰਾਜ ਸਿੰਘ, ਹਨੀ, ਨਿਤੀਸ਼ ਅਤੇ ਹੋਰਾਂ ਨੇ ਮੁੱਖ ਮੰਤਰੀ ਦੀ ਯੋਗਤਾ ਦੇ ਆਧਾਰ ’ਤੇ ਨੌਕਰੀਆਂ ਪ੍ਰਦਾਨ ਕਰਨ ਲਈ ਸ਼ਲਾਘਾ ਕੀਤੀ। ਉਨ੍ਹਾਂ ਨੇ ਇਸ ਨੇਕ ਕਾਰਜ ਰਾਹੀਂ ਉਨ੍ਹਾਂ ਦੀ ਕਿਸਮਤ ਬਦਲਣ ਲਈ ਮੁੱਖ ਮੰਤਰੀ ਦਾ ਧੰਨਵਾਦ ਵੀ ਕੀਤਾ।

ਪੰਜਾਬ ਰਾਜ ਖੁਰਾਕ ਕਮਿਸ਼ਨ ਅਤੇ ਰੀਜਨਰੇਟਿੰਗ ਪੰਜਾਬ ਨੇ ਮਿੱਟੀ ਦੀ ਸਿਹਤ ਅਤੇ ਖੁਰਾਕ ਸੁਰੱਖਿਆ ਲਈ ਜੀਵਿਤ ਮਿੱਟੀ ਮਿਸ਼ਨ ਅਤੇ ਧਰਤੀ ਦੀਆਂ ਧੀਆਂ ਪਹਿਲਕਦਮੀਆਂ ਸ਼ੁਰੂ ਕਰਨ ਲਈ ਡੂੰਘਾਈ ਨਾਲ ਵਿਚਾਰ ਚਰਚਾ

ਚੰਡੀਗੜ੍ਹ, 23 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਦੀ ਖੁਰਾਕ ਸੁਰੱਖਿਆ ਨੂੰ ਮਿੱਟੀ ਦੀ ਉਪਜਾਊ ਸ਼ਕਤੀ ਨਾਲ ਜੋੜਨ ਦੇ ਮਿਸ਼ਨ ਨੂੰ ਜਾਰੀ ਰੱਖਦਿਆਂ ਪੰਜਾਬ ਰਾਜ ਖੁਰਾਕ ਕਮਿਸ਼ਨ (ਪੀ.ਐਸ.ਐਫ.ਸੀ.) ਨੇ ਅੱਜ ਇੱਥੇ ਆਪਣੀ ਅਗਵਾਈ ਹੇਠ ਰੀਜਨਰੇਟਿੰਗ ਪੰਜਾਬ ਸੰਸਥਾ ਨਾਲ ਮਿਲ ਕੇ ਵਿਸਥਾਰਿਤ ਵਿਚਾਰ-ਚਰਚਾ ਕੀਤੀ ਤਾਂ ਜੋ ਸਾਰੇ ਭਾਈਵਾਲਾਂ ਦੀ ਸਰਗਰਮ ਭਾਗੀਦਾਰੀ ਨਾਲ ਇਸ ਸਬੰਧੀ ਭਵਿੱਖਮੁਖੀ ਰਣਨੀਤੀ ਉਲੀਕੀ ਜਾ ਸਕੇ।

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਵਿਚਾਰ-ਵਟਾਂਦਰੇ ਦਾ ਆਗਾਜ਼ ਕੀਤਾ ਅਤੇ ਇਸ ਦੌਰਾਨ ਖੇਤੀਬਾੜੀ, ਪਾਣੀ, ਸਿਹਤ ਅਤੇ ਜਲਵਾਯੂ ਦੇ ਆਪਸ ਵਿੱਚ ਡੂੰਘਾਈ ਨਾਲ ਜੁੜੇ ਹੋਣ ’ਤੇ ਜ਼ੋਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਇਹ ਵਿਚਾਰ-ਚਰਚਾ ਸੈਸ਼ਨ ਇਸ ਸਾਲ ਅਪ੍ਰੈਲ ਵਿੱਚ ਸ਼ੁਰੂ ਕੀਤੀ ਗਈ ’ਮਿੱਟੀ ਤੋਂ ਥਾਲੀ’ (ਮਿੱਟੀ ਤੋਂ ਪਲੇਟ ਤੱਕ) ਪਹਿਲਕਦਮੀ ਦਾ ਵਿਸਥਾਰ ਸੀ।

ਰੀਜਨਰੇਟਿੰਗ ਪੰਜਾਬ ਦੀ ਸੰਸਥਾਪਕ ਸੁਮੀਤ ਸੰਧੂ ਨਾਲ ਮਿਲ ਕੇ ‘ਜੀਵਿਤ ਮਿੱਟੀ ਮਿਸ਼ਨ’ ਅਤੇ ‘ਧਰਤੀ ਦੀਆਂ ਧੀਆਂ’ ਵਰਗੇ ਨਵੇਂ ਸੰਕਲਪਾਂ ਦੀ ਸ਼ੁਰੂਆਤ ਕਰਦਿਆਂ ਚੇਅਰਮੈਨ ਨੇ ਮਿੱਟੀ ਦੀ ਸਿਹਤ ਨੂੰ ਮੁੜ ਸੁਰਜੀਤ ਕਰਨ ਅਤੇ ਇਸ ਨੂੰ ਬਿਹਤਰ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ ਕਿਉਂਕਿ ਪੰਜਾਬ ਦੀ ਮਿੱਟੀ ਵਿਚਲੇ ਜੈਵਿਕ ਪਦਾਰਥ ਮਹਿਜ 0.5 ਪ੍ਰਤੀਸ਼ਤ ਹਨ ਜਦੋਂ ਕਿ ਲੋੜੀਂਦੀ ਦਰ 5 ਪ੍ਰਤੀਸ਼ਤ ਹੈ। ਅਜਿਹਾ ਇਸ ਲਈ ਹੈ ਤਾਂ ਜੋ ਮਿੱਟੀ ਵਿੱਚ ਮੌਜੂਦ ਸੂਖਮ ਪੌਸ਼ਟਿਕ ਤੱਤਾਂ ਦਾ ਆਪਣੀ ਪੂਰੀ ਸਮਰੱਥਾ ਤੱਕ ਵਧਣਾ ਯਕੀਨੀ ਬਣਾਇਆ ਜਾ ਸਕੇ ਜੋ ਕਿ ਮਿਆਰੀ ਅਤੇ ਪੌਸ਼ਟਿਕ ਭੋਜਨ ਯਕੀਨੀ ਬਣਾਉਣ ਲਈ ਬੇਹੱਦ ਸਹਾਈ ਹਨ।

ਸੁਮੀਤ ਸੰਧੂ ਨੇ ਕਿਹਾ ਕਿ ਇਸ ‘ਰੀਜਨਰੇਟਿਵ ਕ੍ਰਾਂਤੀ’ ਨੂੰ ਸਫਲ ਬਣਾਉਣ ਲਈ ਕਈ ਉਪਾਅ ਕੀਤੇ ਜਾਣ ਦੀ ਜ਼ਰੂਰਤ ਹੈ ਜਿਵੇਂ ਕਿ ਮਿੱਟੀ ਅਤੇ ਵਾਤਾਵਰਣ, ਪਾਣੀ ਸਬੰਧੀ ਪ੍ਰਣਾਲੀਆਂ, ਕਿਸਾਨੀ ਜੀਵਨ, ਬਾਜ਼ਾਰ ਅਤੇ ਮੁੱਲ ਲੜੀ, ਡੇਟਾ ਆਦਿ ਵਰਗੇ ਪਹਿਲੂਆਂ ‘ਤੇ ਕੇਂਦ੍ਰਿਤ ਕਾਰਜ ਸਮੂਹਾਂ ਦਾ ਗਠਨ ਕਰਨਾ ਅਤੇ ਖੇਤੀਬਾੜੀ ਸੈਕਟਰ ਨੂੰ ਸ਼ਾਮਿਲ ਕਰਨ ਦੇ ਨਾਲ-ਨਾਲ ਸੂਬਾ ਪੱਧਰ ਉੱਤੇ  ਮਿੱਟੀ ਦੀ ਸਮਰੱਥਾ ਤੇ ਗੁਣਵੱਤਾ ਦੀ ਜਾਂਚ ਕਰਨਾ।

ਕਮਿਸ਼ਨ ਦੇ ਚੇਅਰਮੈਨ ਦੇ ਧਿਆਨ ਵਿੱਚ ਇਹ ਵੀ ਲਿਆਂਦਾ ਗਿਆ ਕਿ ਇੱਕ ਟੈਸਟ ਕੇਸ ਵਜੋਂ ਮੋਗਾ ਦੇ ਪਿੰਡ ਘੋਲੀਆਂ ਕਲਾਂ ਵਿੱਚ ਇੱਕ ਮਿੱਟੀ ਦੀ ਜਾਂਚ ਸਬੰਧੀ ਲੈਬਾਰਟਰੀ ਸਥਾਪਿਤ ਕੀਤੀ ਗਈ ਹੈ।

ਇਸ ਮੌਕੇ  ‘ਧਰਤੀ ਦੀਆਂ ਧੀਆਂ’ ਦੇ ਇੱਕ ਨਵੇਂ ਵਿਚਾਰ ਦੀ ਸ਼ੁਰੂਆਤ ਵੀ ਹੋਈ ਜਿਸ ਵਿੱਚ ਔਰਤਾਂ ਨੂੰ ਸੂਆਇਲ ਰੀਜਨਰੇਸ਼ਨ ਚੈਂਪੀਅਨਸ ਅਤੇ ਵਾਤਾਵਰਣ ਸੰਭਾਲ ਆਗੂਆਂ ਵਜੋਂ ਪਾਲਣ-ਪੋਸ਼ਣ ਅਤੇ ਸਿਖਲਾਈ ਦੇਣਾ ਸ਼ਾਮਿਲ ਹੈ ਜੋ ਪੰਜਾਬ ਦੀ ਜ਼ਮੀਨ, ਪਾਣੀ ਅਤੇ ਭੋਜਨ ਪ੍ਰਣਾਲੀਆਂ ਦੀ ਰੀਜਨਰੇਸ਼ਨ ਨੂੰ ਸੇਧ ਅਤੇ ਪ੍ਰੇਰਨਾ ਦੇਣ ਵਿੱਚ ਸਹਾਈ ਸਾਬਿਤ ਹੋਣਗੀਆਂ। ਸੂਬੇ ਦੇ 23 ਜ਼ਿਲ੍ਹਿਆਂ ਵਿੱਚ ਅਜਿਹੀਆਂ 100 ਮਹਿਲਾ ਆਗੂਆਂ ਦੀ ਚੋਣ ਕੀਤੀ ਜਾਵੇਗੀ।

ਇਸ ਪਹਿਲਕਦਮੀ ਵਿੱਚ ਸਕੂਲ ਪੱਧਰ ਦੇ ਪ੍ਰੋਗਰਾਮ ਵੀ ਸ਼ਾਮਲ ਹਨ ਜੋ ਬੱਚਿਆਂ ਅਤੇ ਨੌਜਵਾਨਾਂ ਨੂੰ ਮਿੱਟੀ ਦੀ ਸਿਹਤ ਵਿੱਚ ਸੁਧਾਰ ਕਰਨ ਲਈ ਪ੍ਰੇਰਿਤ ਕਰਦੇ ਹਨ ਅਤੇ ਕਿਸਾਨਾਂ ਤੋਂ ਲੈ ਕੇ ਪਰਿਵਾਰਾਂ ਤੱਕ ਸਾਰੇ ਪਿੰਡਾਂ ਨੂੰ ਮਿੱਟੀ ਦੀ ਸਿਹਤ ਨੂੰ ਬਹਾਲ ਕਰਨ ਦੇ ਨੇਕ ਕਾਰਜ ਵਿੱਚ ਸਹਾਇਤਾ ਕਰਨ ਲਈ ਉਤਸ਼ਾਹਿਤ ਕਰਦੇ ਹਨ।

ਇਸ ਪਹਿਲਕਦਮੀ ਦੀਆਂ ਵਿਲੱਖਣ ਵਿਸ਼ੇਸ਼ਤਾਵਾਂ ਵਿੱਚੋਂ ਇੱਕ ਪਿੰਡ ਪੱਧਰੀ ਮੁਕਾਬਲਾ ਸੋਆਇਲ ਕੱਪ ਸ਼ੁਰੂ ਕਰਨਾ ਹੈ, ਜਿਸ ਵਿੱਚ ਉਨ੍ਹਾਂ ਪਿੰਡਾਂ ਨੂੰ ਇਨਾਮ ਦਿੱਤਾ ਜਾਵੇਗਾ ਜੋ ਆਪਣੀ ਮਿੱਟੀ, ਵਾਤਾਵਰਣ ਦਾ ਪਾਲਣ ਪੋਸ਼ਣ ਕਰਦੇ ਹਨ ਅਤੇ ਆਪਣਾ ਭਵਿੱਖ ਸੁਰੱਖਿਅਤ ਕਰਦੇ ਹਨ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਰੀਜਨਰੇਟਿੰਗ ਪੰਜਾਬ ਦੇ ਸਹਿ-ਸੰਸਥਾਪਕ ਅਰਿੰਦਮ ਮੁਖਰਜੀ, ਡਾਇਰੈਕਟਰ (ਸੇਵਾਮੁਕਤ) ਟਾਊਨ ਪਲਾਨਿੰਗ ਵਿਭਾਗ, ਪੰਜਾਬ ਐਮ.ਐਸ. ਔਜਲਾ, ਪਿੰਡ ਘੋਲੀਆਂ ਕਲਾਂ ਦੇ ਸਰਪੰਚ ਏਕਮਪ੍ਰੀਤ ਸਿੰਘ ਅਤੇ ਜੈਵਿਕ ਕਿਸਾਨ ਚਮਕੌਰ ਸਿੰਘ ਸ਼ਾਮਲ ਸਨ।

ਪੰਜਾਬ

ਦੇਸ਼