Breaking News
ਪੰਜਾਬ ਦੇ ਹੋਸਪਿਟੈਲਿਟੀ ਖੋਤਰ ਵਿੱਚ 200 ਕਰੋੜ ਰੁਪਏ ਦੀ ਕਰ ਚੋਰੀ ਦਾ ਪਰਦਾਫਾਸ਼, ਡਾਟਾ-ਆਧਾਰਿਤ ਜਾਂਚ ਰਾਹੀਂ ਕਾਰਵਾਈ ਤੇਜ਼ : ਹਰਪਾਲ ਚੀਮਾ

ਚੰਡੀਗੜ੍ਹ, 30 ਮਾਰਚ :

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਪੰਜਾਬ ਦੇ ਹੋਸਪਿਟੈਲਿਟੀ (ਖਾਣਪੀਣ ਦੇ ਕਾਰੋਬਾਰ) ਖੇਤਰ ਵਿੱਚ 200 ਕਰੋੜ ਰੁਪਏ ਦੀ ਟੈਕਸ ਚੋਰੀ ਦੇ ਇੱਕ ਵੱਡੇ ਰੈਕੇਟ ਦਾ ਪਰਦਾਫਾਸ਼ ਕਰਦਿਆਂ ਢਾਬਿਆਂ, ਖਾਣ-ਪੀਣ ਵਾਲੀਆਂ ਥਾਵਾਂ, ਰੈਸਟੋਰੈਂਟਾਂ ਅਤੇ ਫਾਸਟ-ਫੂਡ ਆਊਟਲੈਟਾਂ ਵਿੱਚ ਡੂੰਘੀਆਂ ਜੜ੍ਹਾਂ ਜਮਾ ਚੁੱਕੀ ਅਤੇ ਵਿਵਸਥਾਗਤ ਢੰਗ ਨਾਲ ਆਮਦਨ ਘੱਟ ਦਿਖਾਉਣ ਦੀ ਪ੍ਰਵਿਰਤੀ ਤੋਂ ਪਰਦਾ ਉਠਾਇਆ। ਵਿੱਤ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਜਨਤਕ ਮਾਲੀਏ ਦੀ ਰਾਖੀ ਲਈ ਤਕਨਾਲੋਜੀ-ਆਧਾਰਿਤ ਸਖ਼ਤ ਕਾਰਵਾਈ ਸ਼ੁਰੂ ਕੀਤੀ ਜਿਸ ਤਹਿਤ 882 ਅਦਾਰੇ ਜਾਂਚ ਦੇ ਘੇਰੇ ਵਿੱਚ ਲਏ ਗਏ ਅਤੇ ਹੁਣ ਤੱਕ 2.02 ਕਰੋੜ ਰੁਪਏ ਦੀ ਵਸੂਲੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜਾਂਚ ਦਾ ਦਾਇਰਾ ਤੇਜ਼ੀ ਨਾਲ ਵੱਧ ਰਿਹਾ ਹੈ ਅਤੇ ਹੋਰ ਡਾਟਾ ਦਾ ਵਿਸ਼ਲੇਸ਼ਣ ਕਰਨ ਨਾਲ ਕੁੱਲ ਟੈਕਸ ਚੋਰੀ ਲਗਭਗ 500 ਕਰੋੜ ਰੁਪਏ ਤੱਕ ਪਹੁੰਚ ਸਕਦੀ ਹੈ।

ਇਸ ਗੱਲ ਦਾ ਜ਼ਿਕਰ ਕਰਦਿਆਂ ਕਿ ਮੋਹਾਲੀ, ਜਲੰਧਰ ਅਤੇ ਲੁਧਿਆਣਾ ਵਰਗੇ ਪ੍ਰਮੁੱਖ ਸ਼ਹਿਰੀ ਕੇਂਦਰ ਟੈਕਸ ਚੋਰੀ ਦੇ ਮੁੱਖ ਗੜ੍ਹ ਵਜੋਂ ਉੱਭਰੇ ਹਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਵੱਧ ਨਕਦੀ ਅਤੇ ਹਾਈਬ੍ਰਿਡ ਭੁਗਤਾਨਾਂ (ਨਕਦੀ ਅਤੇ ਡਿਜੀਟਲ ਦੋਵੇਂ) ਵਾਲੇ ਖੇਤਰ ਇਸ ਧੋਖਾਧੜੀ ਦੇ ਕੇਂਦਰ ਵਿੱਚ ਹਨ। ਉਨ੍ਹਾਂ ਕਿਹਾ ਕਿ ਐਡਵਾਂਸਡ ਡਾਟਾ ਐਨਾਲਿਟਿਕਸ, ਟੈਕਸ ਇੰਟੈਲੀਜੈਂਸ ਯੂਨਿਟ ਅਤੇ ਸਟੇਟ ਇੰਟੈਲੀਜੈਂਸ ਤੇ ਪ੍ਰੀਵੈਂਟਿਵ ਯੂਨਿਟ (ਸਿਪੂ) ਤੋਂ ਮਿਲੀ ਜਾਣਕਾਰੀ, ਅਤੇ ‘ਬਿੱਲ ਲਿਆਓ, ਇਨਾਮ ਪਾਓ’ ਸਕੀਮ ਦੀ ਸਫਲਤਾ ਦੇ ਸਹਾਰੇ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਕਾਰਵਾਈ ਤੇਜ਼ ਕਰ ਦਿੱਤੀ ਹੈ। ਉਨ੍ਹਾਂ ਸਖ਼ਤ ਚੇਤਾਵਨੀ ਜਾਰੀ ਕਰਦਿਆਂ ਕਿਹਾ ਕਿ ਸੂਬੇ ਦੇ ਮਾਲੀਏ ਦੀ ਰਾਖੀ ਲਈ ਤਕਨਾਲੋਜੀ ਦੀ ਪੂਰੀ ਵਰਤੋਂ ਯਕੀਨੀ ਬਣਾਉਂਦਿਆਂ ਹਰ ਉਲੰਘਣਾ ਕਰਨ ਵਾਲੇ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਪੰਜਾਬ ਭਵਨ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਹੋਟਲਾਂ, ਢਾਬਿਆਂ, ਖਾਣ-ਪੀਣ ਵਾਲੀਆਂ ਥਾਵਾਂ, ਬੇਕਰੀਆਂ, ਮਿਠਾਈ ਦੀਆਂ ਦੁਕਾਨਾਂ, ਰੈਸਟੋਰੈਂਟਾਂ, ਕੇਟਰਿੰਗ ਸੇਵਾਵਾਂ ਅਤੇ ਅਜਿਹੇ ਹੋਰ ਅਦਾਰਿਆਂ ਨੂੰ ਕਵਰ ਕਰਨ ਵਾਲੀ ਇੱਕ ਵਿਆਪਕ, ਰਾਜ ਪੱਧਰੀ ਅਤੇ ਡਾਟਾ-ਆਧਾਰਿਤ ਮੁਹਿੰਮ ਰਾਹੀਂ, ਅਸੀਂ ਵਿੱਤੀ ਸਾਲ 2025-26 ਨਾਲ ਸਬੰਧਤ ਕੁੱਲ 882 ਅਦਾਰਿਆਂ ਦੀ ਪਛਾਣ ਕੀਤੀ ਹੈ।”

ਵਿੱਤ ਮੰਤਰੀ ਨੇ ਅੱਗੇ ਕਿਹਾ, “ਹੋਰ ਵਿਸ਼ਲੇਸ਼ਣ ਅਤੇ ਵਿੱਤੀ ਸਾਲ 2023-24 ਅਤੇ 2024-25 ਨਾਲ ਸਬੰਧਤ ਡਾਟੇ ਨੂੰ ਸ਼ਾਮਲ ਕਰਨ ਨਾਲ, ਟੈਕਸ ਚੋਰੀ ਦਾ ਕੁੱਲ ਆਕਾਰ ਲਗਭਗ 500 ਕਰੋੜ ਰੁਪਏ ਤੱਕ ਪਹੁੰਚਣ ਦੀ ਸੰਭਾਵਨਾ ਹੈ।”

ਚੱਲ ਰਹੀ ਜਾਂਚ ਦੇ ਨਤੀਜਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਅੱਜ ਤੱਕ ਕਰਵਾਈ ਗਈ ਮੁੱਢਲੀ ਜਾਂਚ ਵਿੱਚ 239 ਮਾਮਲਿਆਂ ਦੀ ਘੋਖ ਕੀਤੀ ਗਈ ਹੈ, ਜਿਸ ਦੇ ਨਤੀਜੇ ਵਜੋਂ ਲਗਭਗ 50 ਕਰੋੜ ਰੁਪਏ ਦੀ ਟਰਨਓਵਰ ਛੁਪਾਉਣ ਦਾ ਪਤਾ ਲੱਗਾ ਹੈ।” ਉਨ੍ਹਾਂ ਅੱਗੇ ਕਿਹਾ, “ਇਸ ਚੋਰੀ ਵਿੱਚ 5% ਦੀ ਦਰ ਨਾਲ 2.54 ਕਰੋੜ ਰੁਪਏ ਦਾ ਟੈਕਸ ਸ਼ਾਮਲ ਹੈ, ਅਤੇ ਸਾਡੇ ਵਿਭਾਗ ਨੇ ਹੁਣ ਤੱਕ 2.02 ਕਰੋੜ ਰੁਪਏ ਦੀ ਵਸੂਲੀ ਯਕੀਨੀ ਬਣਾਈ ਹੈ, ਜਦਕਿ ਬਾਕੀ ਵਸੂਲੀ ਦੀ ਕਾਰਵਾਈ ਅਜੇ ਜਾਰੀ ਹੈ।”

ਇੰਨ੍ਹਾਂ ਬੇਨਿਯਮੀਆਂ ਦੇ ਪੱਧਰ ਨੂੰ ਉਜਾਗਰ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਅਸੀਂ 3 ਕਰਦਾਤਾਵਾਂ ਵੱਲੋਂ 2 ਕਰੋੜ ਰੁਪਏ ਤੋਂ ਵੱਧ, 6 ਵੱਲੋਂ 1 ਕਰੋੜ ਰੁਪਏ ਤੋਂ ਵੱਧ, 18 ਵੱਲੋਂ 50 ਲੱਖ ਰੁਪਏ ਤੋਂ ਵੱਧ, 26 ਕਰਦਾਤਾਵਾਂ ਵੱਲੋਂ 25 ਲੱਖ ਰੁਪਏ ਤੋਂ ਵੱਧ, ਅਤੇ 91 ਕਰਦਾਤਾਵਾਂ ਵੱਲੋਂ 5 ਲੱਖ ਰੁਪਏ ਤੋਂ ਵੱਧ ਦੀ ਟਰਨਓਵਰ ਛੁਪਾਉਣ ਦਾ ਪਤਾ ਲਗਾਇਆ ਹੈ।”

ਸੈਕਟਰ-ਵਿਸ਼ੇਸ਼ ਰੁਝਾਨਾਂ ਬਾਰੇ ਦੱਸਦਿਆਂ ਉਨ੍ਹਾਂ ਕਿਹਾ, “ਸਾਡਾ ਅਗਲਾ ਵਿਸ਼ਲੇਸ਼ਣ ਵੱਧ ਨਕਦੀ ਅਤੇ ਹਾਈਬ੍ਰਿਡ ਭੁਗਤਾਨ ਵਾਲੇ ਹਿੱਸਿਆਂ ਵਿੱਚ ਆਮਦਨ ਨੂੰ ਵਿਵਸਥਾਗਤ ਤਰੀਕੇ ਨਾਲ ਘੱਟ ਦਿਖਾਉਣ ਦੇ ਪੈਟਰਨ ਨੂੰ ਦਰਸਾਉਂਦਾ ਹੈ।” ਉਨ੍ਹਾਂ ਅੱਗੇ ਕਿਹਾ, “ਆਮਦਨ ਛੁਪਾਉਣ ਵਿੱਚ ਢਾਬਿਆਂ ਦਾ ਹਿੱਸਾ ਲਗਭਗ 10 ਕਰੋੜ ਰੁਪਏ ਹੈ, ਇਸ ਤੋਂ ਬਾਅਦ ਛੋਟੀਆਂ ਖਾਣ-ਪੀਣ ਵਾਲੀਆਂ ਥਾਵਾਂ, ਕੌਫੀ ਅਤੇ ਚਾਹ ਬਾਰਾਂ ਦਾ ਹਿੱਸਾ ਲਗਭਗ 8 ਕਰੋੜ ਰੁਪਏ, ਅਤੇ ਪੀਜ਼ਾ ਅਤੇ ਫਾਸਟ-ਫੂਡ ਆਊਟਲੈਟਸ ਦਾ ਹਿੱਸਾ 6 ਕਰੋੜ ਰੁਪਏ ਤੋਂ ਵੱਧ ਹੈ।”

ਜ਼ਿਲ੍ਹੇਵਾਰ ਵੇਰਵਾ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ, “ਮੋਹਾਲੀ ਵਿੱਚ ਸਭ ਤੋਂ ਵੱਧ 8.16 ਕਰੋੜ ਰੁਪਏ ਦੀ ਟਰਨਓਵਰ ਛੁਪਾਉਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਤੋਂ ਬਾਅਦ ਜਲੰਧਰ ਵਿੱਚ 6.72 ਕਰੋੜ ਰੁਪਏ ਅਤੇ ਲੁਧਿਆਣਾ ਵਿੱਚ 5.48 ਕਰੋੜ ਰੁਪਏ ਸਾਹਮਣੇ ਆਏ ਹਨ, ਜੋ ਕਿ ਫੜੀ ਗਈ ਟੈਕਸ ਚੋਰੀ ਵਿੱਚ ਮੁੱਖ ਯੋਗਦਾਨ ਪਾਉਣ ਵਾਲੇ ਜ਼ਿਲ੍ਹੇ ਹਨ।” ਉਨ੍ਹਾਂ ਅੱਗੇ ਕਿਹਾ ਕਿ ਪਟਿਆਲਾ ਅਤੇ ਅੰਮ੍ਰਿਤਸਰ ਵਿੱਚ ਮੁਕਾਬਲਤਨ ਘੱਟ ਬੇਨਿਯਮੀਆਂ ਸਾਹਮਣੇ ਆਈਆਂ ਹਨ, ਜਿਨ੍ਹਾਂ ਵਿੱਚ ਲੜੀਵਾਰ 3.83 ਕਰੋੜ ਰੁਪਏ ਅਤੇ 0.99 ਕਰੋੜ ਰੁਪਏ ਦੀ ਚੋਰੀ ਫੜੀ ਗਈ ਹੈ।

ਇਸ ਕਾਰਵਾਈ ਪਿੱਛੇ ਵਰਤੀ ਗਈ ਕਾਰਜ-ਵਿਧੀ ਦੀ ਵਿਆਖਿਆ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਸਟੇਟ ਇਨਵੈਸਟੀਗੇਸ਼ਨ ਐਂਡ ਪ੍ਰੀਵੈਂਟਿਵ ਯੂਨਿਟ ਵੱਲੋਂ ਕਾਰੋਬਾਰੀ ਡਾਟੇ ਦੀ ਬਾਰੀਕੀ ਨਾਲ ਕੀਤੀ ਗਈ ਜਾਂਚ ਦੌਰਾਨ ਇਹ ਦੇਖਿਆ ਗਿਆ ਕਿ ਅਜਿਹੇ ਅਦਾਰਿਆਂ ਦੀ ਇੱਕ ਵੱਡੀ ਗਿਣਤੀ ਆਨਲਾਈਨ ਬਿਲਿੰਗ ਐਪਲੀਕੇਸ਼ਨਾਂ ਦੀ ਵਰਤੋਂ ਕਰ ਰਹੀ ਸੀ।” ਉਨ੍ਹਾਂ ਅੱਗੇ ਕਿਹਾ, “ਮੈਂ ਟੈਕਸ ਇੰਟੈਲੀਜੈਂਸ ਯੂਨਿਟ, ਸਟੇਟ ਇਨਵੈਸਟੀਗੇਸ਼ਨ ਐਂਡ ਪ੍ਰੀਵੈਂਟਿਵ ਯੂਨਿਟ ਨੂੰ, ਅਤੇ ਸਾਡੀ ‘ਬਿੱਲ ਲਿਆਓ, ਇਨਾਮ ਪਾਓ’ ਸਕੀਮ ਦੀ ਸ਼ਾਨਦਾਰ ਸਫਲਤਾ ਨੂੰ ਇਸ ਵੱਡੇ ਪੱਧਰ ‘ਤੇ ਟੈਕਸ ਚੋਰੀ ਫੜਨ ਦਾ ਪੂਰਾ ਸਿਹਰਾ ਦਿੰਦਾ ਹਾਂ।”

ਉਨ੍ਹਾਂ ਅੱਗੇ ਵਿਸਥਾਰ ਦਿੰਦਿਆਂ ਕਿਹਾ, “ਜੋਖਮ ਦੇ ਮਾਪਦੰਡਾਂ, ਡਾਟਾ ਐਨਾਲਿਟਿਕਸ, ਅਤੇ ਜੀਐਸਟੀ ਰਿਟਰਨਾਂ ਦੇ ਨਾਲ ਤੁਲਨਾਤਮਕ ਵਿਸ਼ਲੇਸ਼ਣ ਦੇ ਅਧਾਰ ‘ਤੇ, ਅਸੀਂ ਟਰਨਓਵਰ ਛੁਪਾਉਣ ਦੀਆਂ ਸੰਭਾਵਿਤ ਘਟਨਾਵਾਂ ਦੀ ਪਛਾਣ ਕੀਤੀ। ਅਸੀਂ ਉਸੇ ਅਨੁਸਾਰ ਸਬੰਧਤ ਆਨਲਾਈਨ ਪਲੇਟਫਾਰਮਾਂ ਨੂੰ ਲੈਣ-ਦੇਣ ਦਾ ਵਿਸਤ੍ਰਿਤ ਡਾਟਾ ਪ੍ਰਦਾਨ ਕਰਨ ਲਈ ਨਿਰਦੇਸ਼ ਦਿੱਤੇ, ਜਿਸਦੀ ਵਰਤੋਂ ਹੁਣ ਫੀਲਡ ਟੀਮਾਂ ਜ਼ਮੀਨੀ ਪੜਤਾਲ ਅਤੇ ਰਿਟਰਨਾਂ ਨਾਲ ਮੇਲ ਕਰਨ ਲਈ ਕਰ ਰਹੀਆਂ ਹਨ।”

ਸੰਤੁਲਿਤ ਕਾਰਵਾਈ ‘ਤੇ ਜ਼ੋਰ ਦਿੰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਇਹ ਧਿਆਨ ਦੇਣ ਯੋਗ ਹੈ ਕਿ 52 ਅਦਾਰਿਆਂ ਵਿੱਚ ਕੋਈ ਵੀ ਬੇਨਿਯਮੀ ਨਹੀਂ ਪਾਈ ਗਈ, ਜੋ ਡਾਟਾ-ਆਧਾਰਿਤ ਚੋਣ ‘ਤੇ ਅਧਾਰਤ ਸੰਤੁਲਿਤ ਇਨਫੋਰਸਮੈਂਟ ਅਤੇ ਪੜਤਾਲ ਨੂੰ ਦਰਸਾਉਂਦਾ ਹੈ।”

ਅਗਲੇ ਕਦਮਾਂ ਦੀ ਰੂਪਰੇਖਾ ਉਲੀਕਦਿਆਂ ਉਨ੍ਹਾਂ ਕਿਹਾ, “ਬਾਕੀ ਰਹਿੰਦੇ ਮਾਮਲਿਆਂ ਦੀ ਸਰਗਰਮੀ ਨਾਲ ਜਾਂਚ ਅਤੇ ਬਾਰੀਕੀ ਨਾਲ ਪੜਤਾਲ ਕੀਤੀ ਜਾ ਰਹੀ ਹੈ, ਅਤੇ ਉਮੀਦ ਹੈ ਕਿ ਪੜਤਾਲ ਅਤੇ ਵਸੂਲੀ ਦੀ ਇਹ ਪੂਰੀ ਪ੍ਰਕਿਰਿਆ ਇੱਕ ਮਹੀਨੇ ਦੇ ਅੰਦਰ ਮੁਕੰਮਲ ਕਰ ਲਈ ਜਾਵੇਗੀ।” ਉਨ੍ਹਾਂ ਅੱਗੇ ਕਿਹਾ, “ਜਾਂਚ ਨੂੰ ਹੋਰ ਮਜ਼ਬੂਤ ਕਰਨ ਲਈ, ਵਿਭਾਗ ਯੂਪੀਆਈ ਲੈਣ-ਦੇਣ ਦਾ ਡਾਟਾ ਅਤੇ ਹੋਰ ਡਿਜੀਟਲ ਭੁਗਤਾਨਾਂ ਦੇ ਰਿਕਾਰਡ ਪ੍ਰਾਪਤ ਕਰਨ ਦੀ ਪ੍ਰਕਿਰਿਆ ਵਿੱਚ ਹੈ, ਜੋ ਰਿਪੋਰਟ ਕੀਤੀ ਗਈ ਟਰਨਓਵਰ ਦੇ ਨਾਲ ਅਸਲ ਪ੍ਰਾਪਤੀਆਂ ਦੇ ਡੂੰਘੇ ਮਿਲਾਣ ਨੂੰ ਸਮਰੱਥ ਬਣਾਏਗਾ, ਜਿਸ ਨਾਲ ਟੈਕਸ ਚੋਰੀ ਫੜਨ ਦੀ ਸ਼ੁੱਧਤਾ ਵਿੱਚ ਵਾਧਾ ਹੋਵੇਗਾ।”

ਉਲੰਘਣਾ ਕਰਨ ਵਾਲਿਆਂ ਨੂੰ ਸਪੱਸ਼ਟ ਚੇਤਾਵਨੀ ਜਾਰੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਭਗਵੰਤ ਮਾਨ ਸਰਕਾਰ ਕਰ ਅਦਾਇਗੀ ਨੂੰ ਯਕੀਨੀ ਬਣਾਉਣ ਅਤੇ ਸੂਬੇ ਦੇ ਮਾਲੀਏ ਦੀ ਰਾਖੀ ਲਈ ਤਕਨਾਲੋਜੀ, ਡਾਟਾ ਐਨਾਲਿਟਿਕਸ ਅਤੇ ਤਾਲਮੇਲ ਵਾਲੀ ਫੀਲਡ ਇਨਫੋਰਸਮੈਂਟ ਦਾ ਲਾਭ ਉਠਾਉਣ ਲਈ ਵਚਨਬੱਧ ਹੈ।” ਉਨ੍ਹਾਂ ਜ਼ੋਰ ਦੇ ਕੇ ਕਿਹਾ, “ਕਰ ਚੋਰੀ ਦੇ ਸਾਰੇ ਮਾਮਲਿਆਂ ਵਿੱਚ ਸਖ਼ਤ ਕਾਰਵਾਈ ਕੀਤੀ ਜਾਵੇਗੀ, ਜਦੋਂ ਕਿ ਕਰ ਨਿਯਮਾਂ ਦੀ ਪਾਲਣਾ ਕਰਨ ਵਾਲੇ ਟੈਕਸਦਾਤਾਵਾਂ ਨੂੰ ਸਹੂਲਤਾਂ ਮਿਲਦੀਆਂ ਰਹਿਣਗੀਆਂ।”

ਸਿੱਖਿਆ ਖੇਤਰ ਵਿੱਚ ਪੰਜਾਬ ਦੇ ਸਕੂਲਾਂ ਨੇ ਮਾਰੀ ਬਾਜ਼ੀ, ਕੌਮੀ ਸਰਵੇਖਣ ਵਿੱਚ ਕੇਰਲਾ ਨੂੰ ਪਛਾੜ ਕੇ ਮੋਹਰੀ ਬਣਿਆ ਪੰਜਾਬ – CM ਮਾਨ

ਚੰਡੀਗੜ੍ਹ, 30 ਮਾਰਚ 2026 :
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ “ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ” ਲੜੀ ਤਹਿਤ ਪੰਜਾਬ ਸਰਕਾਰ ਦੀ “ਸਿੱਖਿਆ ਕ੍ਰਾਂਤੀ” ਦਾ ਚਾਰ ਸਾਲਾਂ ਦਾ ਵਿਸਥਾਰਤ ਰਿਪੋਰਟ ਕਾਰਡ ਪੇਸ਼ ਕੀਤਾ। ਇਸ ਰਿਪੋਰਟ ਕਾਰਡ ਵਿੱਚ ਦੱਸਿਆ ਗਿਆ ਕਿ ਕਿਵੇਂ ਨਿਰੰਤਰ ਸੁਧਾਰਾਂ ਸਦਕਾ ਸਰਕਾਰੀ ਸਕੂਲਾਂ ਮਾਡਲ ਸੰਸਥਾਵਾਂ ਵਿੱਚ ਬਦਲ ਰਹੀਆਂ ਹਨ ਜਿਸ ਦੇ ਦੇਸ਼ ਭਰ ਵਿੱਚ ਸ਼ਾਨਦਾਰ ਨਤੀਜੇ ਸਾਹਮਣੇ ਆ ਰਹੇ ਹਨ। ‘ਸਿੱਖਿਆ ਕ੍ਰਾਂਤੀ’ ਨੂੰ ਪੰਜਾਬ ਦੇ ਵਿਕਾਸ ਦੀ ਰੀੜ੍ਹ ਦੀ ਹੱਡੀ ਦੱਸਦਿਆਂ ਮੁੱਖ ਮੰਤਰੀ ਨੇ ਕੌਮੀ ਮੁਲਾਂਕਣ ਵਿੱਚ ਚੋਟੀ ਦੀਆਂ ਦਰਜਾਬੰਦੀਆਂ, ਰਿਕਾਰਡ ਅਕਾਦਮਿਕ ਨਤੀਜੇ, ਜ਼ੀਰੋ ਪੇਪਰ ਲੀਕ ਅਤੇ ਬੁਨਿਆਦੀ ਢਾਂਚੇ ਅਤੇ ਅਧਿਆਪਕ ਸਿਖਲਾਈ ਵਿੱਚ ਕੀਤੇ ਬੇਮਿਸਾਲ ਨਿਵੇਸ਼ ‘ਤੇ ਚਾਨਣਾ ਪਾਇਆ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਤਬਦੀਲੀ ਨੂੰ ਯਕੀਨੀ ਬਣਾਉਣ ਲਈ ਵਿਆਪਕ ਵਿੱਤੀ ਪ੍ਰਬੰਧ ਕੀਤੇ ਗਏ ਹਨ। ਸਾਲ 2021-22 ਵਿੱਚ ਸਿੱਖਿਆ ਬਜਟ 12,657 ਕਰੋੜ ਰੁਪਏ ਸੀ ਜੋ 2026-27 ਵਿੱਚ ਵਧਾ ਕੇ 19,279 ਕਰੋੜ ਰੁਪਏ ਕੀਤਾ ਗਿਆ ਹੈ ਜੋ ‘ਆਪ’ ਸਰਕਾਰ ਵੱਲੋਂ ਇਸ ਖੇਤਰ ਨੂੰ ਦਿੱਤੀ ਜਾ ਰਹੀ ਤਰਜੀਹ ਨੂੰ ਦਰਸਾਉਂਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸਿੱਖਿਆ ਰਿਪੋਰਟ ਕਾਰਡ ਨਿਰੰਤਰ ਜਵਾਬਦੇਹੀ ਪ੍ਰਕਿਰਿਆ ਦਾ ਹਿੱਸਾ ਹੈ। ਇਸ ਤੋਂ ਪਹਿਲਾ ਸਿੰਚਾਈ, ਸਿਹਤ, ਖੇਡਾਂ ਅਤੇ ਕਾਨੂੰਨ ਵਿਵਸਥਾ ਵਰਗੇ ਪ੍ਰਮੁੱਖ ਖੇਤਰਾਂ ਵਿੱਚ ਵੀ ਚਾਰ ਸਾਲਾਂ ਦੀ ਕਾਰਗੁਜ਼ਾਰੀ ਸਬੰਧੀ ਅਜਿਹਾ ਰਿਪੋਰਟ ਕਾਰਡ ਪੇਸ਼ ਕੀਤਾ ਗਿਆ ਅਤੇ ਇਹ ਨਤੀਜੇ ਸ਼ਾਸਨ ਦੇ ਸਾਰੇ ਹਿੱਸਿਆਂ ਵਿੱਚ ਸਰਕਾਰ ਵੱਲੋਂ ਦਿੱਤੇ ਜਾ ਰਹੇ ਵਿਸ਼ੇਸ਼ ਧਿਆਨ ਨੂੰ ਦਰਸਾਉਂਦੇ ਹਨ।
ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਕੂਲ ਤੇ ਉਚੇਰੀ ਸਿੱਖਿਆ ਵਿੱਚ ਕੀਤੇ ਵਿਆਪਕ ਸੁਧਾਰਾਂ ਦੀ ਰੂਪ-ਰੇਖਾ ਪੇਸ਼ ਕੀਤੀ ਜਿਸ ਵਿੱਚ ਪਿਛਲੇ ਚਾਰ ਸਾਲਾਂ ਵਿੱਚ ਕੀਤੇ ਗਏ ਢਾਂਚਾਗਤ ਸੁਧਾਰਾਂ, ਰਿਕਾਰਡ ਨਿਵੇਸ਼ ਅਤੇ ਨਤੀਜਿਆਂ ਨੂੰ ਉਜਾਗਰ ਕੀਤਾ ਗਿਆ। ਉਨ੍ਹਾਂ ਕਿਹਾ, “ਸਿੱਖਿਆ ਨੂੰ ਤਰਜੀਹ ਦੇਣ ਵਾਲੇ ਦੇਸ਼ਾਂ ਨੇ ਹਰ ਖੇਤਰ ਵਿੱਚ ਤਰੱਕੀ ਕੀਤੀ ਹੈ। ਸਾਡੇ ਦੇਸ਼ ਵਿੱਚ ਸਿੱਖਿਆ ਨੂੰ ਨਿੱਜੀ ਅਤੇ ਸਰਕਾਰੀ ਸਕੂਲਾਂ ਵਿੱਚ ਵੰਡਿਆ ਗਿਆ ਸੀ, ਜਿਸ ਨਾਲ ਸਿੱਖਿਆ ਵਿੱਚ ਡੂੰਘਾ ਪਾੜਾ ਪੈਦਾ ਹੋਇਆ। ਪਿਛਲੀਆਂ ਸਰਕਾਰਾਂ ਨੇ ਸਕੂਲਾਂ ਨੂੰ ਸਿਰਫ ਮਿਡ ਡੇ ਮੀਲ ਦੇ ਕੇਂਦਰਾਂ ਤੱਕ ਸੀਮਿਤ ਕਰ ਦਿੱਤਾ ਪਰ ਸਾਡੀ ਸਰਕਾਰ ਨੇ ਪੂਰੀ ਪ੍ਰਣਾਲੀ ਨੂੰ ਬਦਲ ਦਿੱਤਾ ਹੈ।”
ਮੁੱਖ ਮੰਤਰੀ ਨੇ ਕਿਹਾ, “ਸਰਕਾਰੀ ਸਕੂਲਾਂ ਵਿੱਚ ਹੁਣ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਜਿਸ ਨਾਲ ਮਾਪਿਆਂ ਨੂੰ ਬਿਹਤਰ ਬਦਲ ਮਿਲੇਗਾ। ਇਕ ਅਪ੍ਰੈਲ ਤੋਂ ਮਾਪਿਆਂ ਨੂੰ ਉਨ੍ਹਾਂ ਦੇ ਬੱਚੇ ਦੀ ਸਕੂਲ ਤੋਂ ਗੈਰ-ਹਾਜ਼ਰੀ ਅਤੇ ਅਧਿਆਪਕਾਂ ਦੀ ਛੁੱਟੀ ਬਾਰੇ ਵੀ ਸੂਚਿਤ ਕੀਤਾ ਜਾਵੇਗਾ, ਜਿਸ ਨਾਲ ਹਰ ਪੱਧਰ ‘ਤੇ ਜਵਾਬਦੇਹੀ ਯਕੀਨੀ ਬਣਾਈ ਜਾ ਸਕੇਗੀ। ਕਈ ਹੋਰ ਸੂਬਿਆਂ ਖਾਸ ਕਰਕੇ ਗੁਜਰਾਤ ਦੇ ਉਲਟ, ਪਿਛਲੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਦੀ ਘਟਨਾ ਸਾਹਮਣੇ ਨਹੀਂ ਆਈ ਜੋ ਕਿ ਬੇਹੱਦ ਮਾਣ ਵਾਲੀ ਗੱਲ ਹੈ।”
ਪ੍ਰਸ਼ਾਸਨ ਵਿੱਚ ਸਿੱਖਿਆ ਨੂੰ ਤਰਜੀਹ ਦੇਣ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, “ਸਿੱਖਿਆ ਕਿਸੇ ਵੀ ਸੂਬੇ ਜਾਂ ਦੇਸ਼ ਦੀ ਤਰੱਕੀ ਤੇ ਖੁਸ਼ਹਾਲੀ ਵਿੱਚ ਸਭ ਤੋਂ ਵੱਧ ਯੋਗਦਾਨ ਪਾਉਂਦੀ ਹੈ। ਪਿਛਲੇ ਚਾਰ ਸਾਲਾਂ ਵਿੱਚ ਅਸੀਂ ਇਸ ਖੇਤਰ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਹੈ। ਪਹਿਲਾਂ, ‘ਸਮਾਰਟ ਸਕੂਲ’ ਦੇ ਨਾਮ ਹੇਠ ਲੋਕਾਂ ਅਤੇ ਮਾਸੂਮ ਬੱਚਿਆਂ ਨੂੰ ਗੁੰਮਰਾਹ ਕੀਤਾ ਗਿਆ ਸੀ। ਸਕੂਲਾਂ ਨੂੰ ਸਿਰਫ਼ ਪੇਂਟ ਕਰਕੇ ਸੁੰਦਰ ਬਣਾਇਆ ਜਾਂਦਾ ਸੀ ਪਰ ਇਹਨਾਂ ਵਿੱਚ ਢੁਕਵੀਆਂ ਸਹੂਲਤਾਂ ਜਾਂ ਅਧਿਆਪਕਾਂ ਦੀ ਘਾਟ ਰਹਿੰਦੀ ਸੀ। ਅੱਜ ਪੰਜਾਬ ਦੇ ਸਰਕਾਰੀ ਸਕੂਲ ਨਿੱਜੀ ਸੰਸਥਾਵਾਂ ਦੇ ਬਰਾਬਰ ਖੜ੍ਹੇ ਹਨ ਅਤੇ ਸਾਡੇ ਸਿੱਖਿਆ ਮਾਡਲ ਦੀ ਚਰਚਾ ਦੇਸ਼ ਭਰ ਵਿੱਚ ਹੋ ਰਹੀ ਹੈ।”
ਸਿੱਖਿਆ ਲਈ ਵਿੱਤੀ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ, “ਵਿੱਤੀ ਸਾਲ 2026-27 ਲਈ 19,279 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਗਿਆ ਹੈ ਜੋ ਕਿ ਪਿਛਲੇ ਸਾਲ ਨਾਲੋਂ 7 ਫੀਸਦ ਵੱਧ ਹੈ। ਅਸੀਂ 3,500 ਕਰੋੜ ਰੁਪਏ ਨਾਲ ਸਿੱਖਿਆ ਕ੍ਰਾਂਤੀ ਦੇ ਦੂਜੇ ਪੜਾਅ ਦੀ ਸ਼ੁਰੂਆਤ ਕਰ ਰਹੇ ਹਾਂ। ਇਸ ਤਹਿਤ ਵਿਸ਼ਵ ਬੈਂਕ ਨਾਲ ਭਾਈਵਾਲੀ ਕੀਤੀ ਗਈ ਹੈ, ਜੋ ਇਸ ਨੂੰ ਸਭ ਤੋਂ ਵੱਡਾ ਸਿੱਖਿਆ ਸੁਧਾਰ ਪ੍ਰੋਗਰਾਮ ਬਣਾਉਂਦਾ ਹੈ।”
ਮੁੱਖ ਪ੍ਰਾਪਤੀਆਂ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਨੈਸ਼ਨਲ ਅਚੀਵਮੈਂਟ ਸਰਵੇ-2024 ਵਿੱਚ ਪੰਜਾਬ ਨੇ ਕੇਰਲਾ ਨੂੰ ਵੀ ਪਛਾੜ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ ਜਦੋਂ ਕਿ ਗੁਜਰਾਤ 16ਵੇਂ ਅਤੇ ਹਰਿਆਣਾ ਲਗਭਗ 7ਵੇਂ ਜਾਂ 8ਵੇਂ ਸਥਾਨ ‘ਤੇ ਹੈ। ਇਹ ਪ੍ਰਾਪਤੀ ਸਾਡੇ ਸਰਕਾਰੀ ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਹੈ।”
ਉਨ੍ਹਾਂ ਕਿਹਾ, “ਹਾਲ ਹੀ ਦੇ ਸਾਲਾਂ ਵਿੱਚ 740 ਵਿਦਿਆਰਥੀਆਂ ਨੇ ਜੇ.ਈ.ਈ. ਪ੍ਰੀਖਿਆ ਅਤੇ 1284 ਨੇ ਨੀਟ ਪ੍ਰੀਖਿਆ ਪਾਸ ਕੀਤੀ ਹੈ। ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਸਰਵੇਖਣ ਵਿੱਚ ਰਾਸ਼ਟਰੀ ਔਸਤ ਨਾਲੋਂ 18 ਫੀਸਦ ਵੱਧ ਅੰਕ ਪ੍ਰਾਪਤ ਕੀਤੇ ਹਨ।”
ਸੰਸਥਾਗਤ ਵਿਸਥਾਰ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, “118 ਸਕੂਲ ਆਫ਼ ਐਮੀਨੈਂਸ ਸਥਾਪਤ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿੱਚੋਂ 60 ਪਹਿਲਾਂ ਹੀ ਕਾਰਜਸ਼ੀਲ ਹਨ। ਇਹ ਸਕੂਲ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਯੋਗਤਾਵਾਂ ਅਤੇ ਰੁਚੀਆਂ ਦੇ ਅਨੁਸਾਰ ਸਿੱਖਿਆ ਪ੍ਰਦਾਨ ਕਰਕੇ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਮਦਦ ਕਰ ਰਹੇ ਹਨ। ਪਹਿਲੀ ਵਾਰ 24 ਲੱਖ ਮਾਪਿਆਂ ਨੇ ਮੈਗਾ ਪੀ.ਟੀ.ਐਮ. ਵਿੱਚ ਹਿੱਸਾ ਲਿਆ ਹੈ।”
ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਸਕੂਲਾਂ ਵਿੱਚ 30,000 ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਪ੍ਰਦਾਨ ਕੀਤੀਆਂ ਗਈਆਂ ਹਨ ਅਤੇ ਮੈਡੀਕਲ ਤੇ ਨਾਨ-ਮੈਡੀਕਲ ਸਮੇਤ ਹਰ ਸਟਰੀਮ ਦੀ ਪੜ੍ਹਾਈ ਉਪਲਬਧ ਹੈ। ਇਸਦੇ ਨਾਲ ਹੀ ਵਿਦਿਆਰਥੀਆਂ ਨੂੰ ਆਰਮਡ ਫੋਰਸਿਜ਼ ਪ੍ਰੈਪਰੇਟਰੀ, ਨੀਟ, ਜੇ.ਈ.ਈ., ਅਤੇ ਕਲੈਟ ਵਰਗੀਆਂ ਪ੍ਰੀਖਿਆਵਾਂ ਲਈ ਕੋਚਿੰਗ ਵੀ ਪ੍ਰਦਾਨ ਕੀਤੀ ਜਾ ਰਹੀ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤੋਂ ਇਲਾਵਾ ਸਕੂਲ ਆਫ਼ ਐਮੀਨੈਂਸ ਅਤੇ ਸਰਕਾਰੀ ਸਕੂਲਾਂ ਵਿੱਚ ਲੜਕੀਆਂ ਲਈ ਮੁਫ਼ਤ ਬੱਸ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ ਤਾਂ ਜੋ ਕੋਈ ਵੀ ਲੜਕੀ ਸਿੱਖਿਆ ਤੋਂ ਵਾਂਝੀ ਨਾ ਰਹੇ, ਜਿਸ ਦਾ ਲਗਭਗ 15,500 ਵਿਦਿਆਰਥੀ ਲਾਭ ਉਠਾ ਰਹੇ ਹਨ।
ਉਨ੍ਹਾਂ ਅੱਗੇ ਕਿਹਾ ਕਿ ਅਪ੍ਰੈਲ 2022 ਤੋਂ 14,525 ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ ਅਤੇ ਸਿੱਖਿਆ ਵਿਭਾਗ ਦੇ 12,316 ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕੀਤਾ ਗਿਆ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਅਸੀਂ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਲਈ ਵਿਸ਼ਵ ਪੱਧਰੀ ਸਿਖਲਾਈ ਵੀ ਯਕੀਨੀ ਬਣਾ ਰਹੇ ਹਾਂ।
ਸਮਰੱਥਾ ਨਿਰਮਾਣ ਬਾਰੇ ਵਿਸਥਾਰ ਵਿੱਚ ਦੱਸਦਿਆਂ ਉਨ੍ਹਾਂ ਕਿਹਾ ਕਿ ਇਸ ਉਦੇਸ਼ ਲਈ 264 ਸਿੱਖਿਆ ਅਧਿਕਾਰੀਆਂ, ਪ੍ਰਿੰਸੀਪਲਾਂ ਅਤੇ ਅਧਿਆਪਕਾਂ ਦੇ ਅੱਠ ਬੈਚ ਸਿੰਗਾਪੁਰ ਭੇਜੇ ਗਏ ਹਨ। ਇਸ ਦੇ ਨਾਲ ਹੀ 216 ਪ੍ਰਾਇਮਰੀ ਅਧਿਆਪਕਾਂ ਦੇ ਤਿੰਨ ਬੈਚ ਫਿਨਲੈਂਡ ਦੇ ਤੁਰਕੂ ਵਿਖੇ ਸਿਖਲਾਈ ਲਈ ਭੇਜੇ ਗਏ। ਪੰਜ ਬੈਚ ਆਈ.ਆਈ.ਐਮ. ਅਹਿਮਦਾਬਾਦ ਭੇਜੇ ਗਏ, ਜਿੱਥੇ 249 ਮੁੱਖ ਅਧਿਆਪਕਾਂ ਨੇ ਲੀਡਰਸ਼ਿਪ ਸਿਖਲਾਈ ਹਾਸਲ ਕੀਤੀ। ਅੰਮ੍ਰਿਤਸਰ ਦੇ ਸੈਂਸਰਾ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੋਂ ਸਾਇੰਸ ਅਧਿਆਪਕਾ ਗਗਨਦੀਪ ਕੌਰ ਨੇ ਕੈਲੀਫੋਰਨੀਆ ਸਟੇਟ ਯੂਨੀਵਰਸਿਟੀ, ਅਮਰੀਕਾ ਵਿਖੇ ਦੋ ਮਹੀਨਿਆਂ ਦੇ ਪ੍ਰੋਗਰਾਮ ਵਿੱਚ ਹਿੱਸਾ ਲਿਆ, ਜੋ ਸਾਡੇ ਅਧਿਆਪਕਾਂ ਦੇ ਸਮਰਪਣ ਅਤੇ ਸਮਰੱਥਾ ਨੂੰ ਦਰਸਾਉਂਦਾ ਹੈ।
ਬੁਨਿਆਦੀ ਢਾਂਚੇ ਅਤੇ ਸੁਰੱਖਿਆ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਸਰਕਾਰੀ ਸਕੂਲਾਂ ਵਿੱਚ ਸਹੀ ਰੱਖ-ਰਖਾਅ ਅਤੇ ਸੁਰੱਖਿਆ ਨੂੰ ਯਕੀਨੀ ਬਣਾ ਰਹੇ ਹਾਂ। ਇਸ ਉਦੇਸ਼ ਲਈ ਕੁੱਲ 1,932 ਕੈਂਪਸ ਮੈਨੇਜਰ, 1,323 ਸੁਰੱਖਿਆ ਗਾਰਡ, 7,876 ਸਫਾਈ ਕਰਮਚਾਰੀ ਅਤੇ 1,792 ਚੌਕੀਦਾਰ ਭਰਤੀ ਕੀਤੇ ਗਏ ਹਨ। ਇਸ ਦੇ ਨਾਲ ਹੀ 20 ਕਰੋੜ ਰੁਪਏ ਦੇ ਬਜਟ ਨਾਲ ਸਾਰੇ ਸਰਕਾਰੀ ਸਕੂਲਾਂ ਵਿੱਚ ਹਾਈ-ਸਪੀਡ ਫਾਈਬਰ ਵਾਈ-ਫਾਈ ਸਹੂਲਤ ਦਿੱਤੀ ਗਈ ਹੈ, ਜਿਸ ਨਾਲ ਪੰਜਾਬ ਇਹ ਪਹਿਲਕਦਮੀ ਕਰਨ ਵਾਲਾ ਦੇਸ਼ ਦਾ ਇਕਲੌਤਾ ਸੂਬਾ ਬਣ ਗਿਆ ਹੈ।
ਉਨ੍ਹਾਂ ਅੱਗੇ ਕਿਹਾ ਕਿ ਇਸ ਦੇ ਨਾਲ ਹੀ ਨਵੇਂ ਕਲਾਸਰੂਮ, ਸਾਇੰਸ ਲੈਬਾਟਰੀਆਂ, ਕੰਪਿਊਟਰ ਲੈਬਾਂ, ਬਹੁ-ਮੰਤਵੀ ਕਮਰੇ, ਰਸੋਈਆਂ, ਮੈਡੀਕਲ ਕਮਰੇ, ਹੈੱਡ ਰੂਮ, ਖੇਡ ਦੇ ਮੈਦਾਨ ਅਤੇ ਮੁੰਡਿਆਂ ਤੇ ਕੁੜੀਆਂ ਲਈ ਵੱਖਰੇ ਪਖਾਨੇ ਬਣਾਏ ਗਏ ਹਨ। ਵਿਦਿਆਰਥੀਆਂ ਨੂੰ ਹੁਣ ਸਮੇਂ ਸਿਰ ਕਿਤਾਬਾਂ ਮਿਲਦੀਆਂ ਹਨ ਅਤੇ ਮੁਫਤ ਵਰਦੀਆਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ 25 ਸਰਕਾਰੀ ਸਕੂਲਾਂ ਦਾ ਨਾਮ ਸ਼ਹੀਦਾਂ, ਆਜ਼ਾਦੀ ਘੁਲਾਟੀਆਂ ਅਤੇ ਉੱਘੀਆਂ ਸ਼ਖਸੀਅਤਾਂ ਦੇ ਨਾਮ ‘ਤੇ ਰੱਖਿਆ ਗਿਆ ਹੈ।
ਨਵੀਨਤਾ ਤੇ ਖੋਜ ਦੀ ਦਿਸ਼ਾ ਵਿੱਚ ਚੁੱਕੇ ਕਦਮਾਂ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ ਕਿ ਬਿਜ਼ਨਸ ਬਲਾਸਟਰ ਸਕੀਮ ਵਿਦਿਆਰਥੀਆਂ ਵਿੱਚ ਉੱਦਮੀ ਸੋਚ ਨੂੰ ਉਤਸ਼ਾਹਿਤ ਕਰਨ ਲਈ ਸ਼ੁਰੂ ਕੀਤੀ ਗਈ ਹੈ, ਜਿਨ੍ਹਾਂ ਨੇ ਆਪਣੇ ਨਵੀਨਤਮ ਸੋਚ ਤੇ ਵਿਚਾਰਾਂ ਰਾਹੀਂ ਸਮੂਹਿਕ ਤੌਰ ‘ਤੇ 70 ਕਰੋੜ ਰੁਪਏ ਕਮਾਏ ਹਨ। ਪੰਜਾਬ ਪਹਿਲਾ ਸੂਬਾ ਹੈ ਜਿਸ ਨੇ 11ਵੀਂ ਜਮਾਤ ਵਿੱਚ ਉੱਦਮਤਾ ਨੂੰ ਇੱਕ ਵਿਸ਼ੇ ਵਜੋਂ ਪੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਵਿਦਿਆਰਥੀਆਂ ਨੂੰ ਨੌਕਰੀ ਤਲਾਸ਼ਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਵਾਲੇ ਬਣਾਉਣਾ ਹੈ।
ਸਕੂਲ ਮੈਂਟਰਸ਼ਿਪ ਪ੍ਰੋਗਰਾਮ (ਵਿਦਿਆਰਥੀਆਂ ਨੂੰ ਸੇਧ ਦੇਣ ਦਾ ਉਪਰਾਲਾ) ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪ੍ਰੋਗਰਾਮ ਪਹਿਲੀ ਵਾਰ ਸ਼ੁਰੂ ਕੀਤਾ ਗਿਆ ਹੈ, ਜਿੱਥੇ ਆਈ.ਏ.ਐਸ., ਆਈ.ਪੀ.ਐਸ. ਅਤੇ ਸੀਨੀਅਰ ਅਧਿਕਾਰੀ ਵਿਦਿਆਰਥੀਆਂ ਦਾ ਮਾਰਗਦਰਸ਼ਨ ਕਰਦੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਮਨਾਉਣ ਦੇ ਹਿੱਸੇ ਵਜੋਂ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ਮਹਾਨ ਜੀਵਨ ਅਤੇ ਲਾਮਿਸਾਲ ਕੁਰਬਾਨੀ ਬਾਰੇ ਜਾਗਰੂਕ ਕਰਨ ਲਈ 15 ਦਿਨਾਂ ਦਾ ਪ੍ਰੋਗਰਾਮ ਕਰਵਾਇਆ ਕੀਤਾ ਗਿਆ ਸੀ।
ਉਚੇਰੀ ਸਿੱਖਿਆ ਸੁਧਾਰਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਨੇ ਦੇਸ਼ ਦੀ ਪਹਿਲੀ ‘ਡਿਜੀਟਲ ਓਪਨ ਯੂਨੀਵਰਸਿਟੀ ਨੀਤੀ-2026’ ਪੇਸ਼ ਕੀਤੀ ਹੈ। ਸ੍ਰੀ ਆਨੰਦਪੁਰ ਸਾਹਿਬ ਵਿਖੇ ਗੁਰੂ ਤੇਗ਼ ਬਹਾਦਰ ਜੀ ਦੇ ਨਾਮ ‘ਤੇ ਇੱਕ ਵਿਸ਼ਵ ਪੱਧਰੀ ਯੂਨੀਵਰਸਿਟੀ ਸਥਾਪਿਤ ਕੀਤੀ ਜਾਵੇਗੀ। ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਨੇ ਪਿੰਡਾਂ ਦੇ ਵਿਦਿਆਰਥੀਆਂ ਲਈ ਪਹੁੰਚ ਨੂੰ ਬਿਹਤਰ ਬਣਾਉਣ ਲਈ ‘ਪੰਜਾਬੀ-ਫਸਟ ਨੀਤੀ’ ਲਾਗੂ ਕੀਤੀ ਹੈ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਸਰਕਾਰੀ ਡਿਗਰੀ ਕਾਲਜਾਂ ਲਈ ਔਨਲਾਈਨ ਦਾਖਲਾ ਪੋਰਟਲ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ 10 ਨਵੇਂ ਡਿਗਰੀ ਕਾਲਜਾਂ ਦੀ ਯੋਜਨਾ ਬਣਾਈ ਗਈ ਹੈ ਅਤੇ ਅਜਨਾਲਾ ਦੇ ਬਿਕਰੌਰ ਵਿਖੇ ਇੱਕ ਕਾਲਜ ਦੀ ਉਸਾਰੀ ਚੱਲ ਰਹੀ ਹੈ।”
ਉਨ੍ਹਾਂ ਅੱਗੇ ਕਿਹਾ ਕਿ ਭਾਸ਼ਾਈ ਅਤੇ ਸੱਭਿਆਚਾਰਕ ਪਹਿਲਕਦਮੀਆਂ ਨੂੰ ਮਜ਼ਬੂਤੀ ਦੇਣ ਲਈ ਪੰਜਾਬ ਭਾਸ਼ਾ ਐਕਟ ਤਹਿਤ ਸਰਕਾਰੀ ਕੰਮਕਾਜ ਵਿੱਚ ਪੰਜਾਬੀ ਨੂੰ 100 ਫੀਸਦੀ ਲਾਜ਼ਮੀ ਬਣਾਇਆ ਗਿਆ ਹੈ। ਪੰਜਾਬੀ ਸਾਹਿਤ ਦਾ ਡਿਜੀਟਾਈਜ਼ੇਸ਼ਨ ਚੱਲ ਰਿਹਾ ਹੈ ਅਤੇ ਹੁਣ ਤੱਕ 18,550 ਕਿਤਾਬਾਂ ਡਿਜੀਟਾਈਜ਼ ਕੀਤੀਆਂ ਜਾ ਚੁੱਕੀਆਂ ਹਨ। ਇਸ ਤੋਂ ਇਲਾਵਾ 592 ਦੁਰਲੱਭ ਹੱਥ-ਲਿਖਤਾਂ ਦੀ ਸੰਭਾਲ ਦੇ ਨਾਲ-ਨਾਲ ਇਨ੍ਹਾਂ ਨੂੰ ਡਿਜੀਟਾਈਜ਼ ਕੀਤਾ ਗਿਆ ਹੈ ਅਤੇ 100 ਤੋਂ ਵੱਧ ਕਿਤਾਬਾਂ ਹੁਣ ਔਨਲਾਈਨ ਉਪਲਬਧ ਹਨ।
ਉਨ੍ਹਾਂ ਅੱਗੇ ਕਿਹਾ ਕਿ ‘ਸ਼ਬਦਮਾਲਾ ਈ-ਡਿਕਸ਼ਨਰੀ’ ਨੂੰ ਕਈ ਪੰਜਾਬੀ ਸ਼ਬਦਕੋਸ਼ਾਂ ਦੇ ਨਾਲ ਐਂਡਰਾਇਡ ਐਪ ਵਜੋਂ ਲਾਂਚ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਨਵੀਂ ਦਿੱਲੀ ਦੇ ਪੰਜਾਬ ਭਵਨ ਵਿਖੇ 60 ਉੱਘੀਆਂ ਪੰਜਾਬੀ ਸਾਹਿਤਕ ਸ਼ਖਸੀਅਤਾਂ ਦੀਆਂ ਤਸਵੀਰਾਂ ਲਾਈਆਂ ਗਈਆਂ ਹਨ ਅਤੇ ਪੰਜਾਬੀ, ਹਿੰਦੀ ਤੇ ਉਰਦੂ ਵਿੱਚ ਸਰਵੋਤਮ ਕਿਤਾਬਾਂ ਲਈ ਪੁਰਸਕਾਰ ਵੀ ਵੰਡੇ ਗਏ ਹਨ।
ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਹੋਰ ਮੌਜੂਦ ਸਨ।

ਮੈਡੀਕਲ ਕਾਲਜ ਅਤੇ ਹਸਪਤਾਲ OPD ਦਾ ਬਦਲਿਆ ਸਮਾਂ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 30 ਮਾਰਚ, 2026:

ਡਾ. ਬੀ.ਆਰ.ਅੰਬੇਦਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਅਤੇ ਹਸਪਤਾਲ, ਫ਼ੇਜ਼-6 ਦੇ ਖੁੱਲ੍ਹਣ ਅਤੇ ਬੰਦ ਹੋਣ ਦੇ ਸਮੇਂ ਵਿਚ ਤਬਦੀਲੀ ਕੀਤੀ ਗਈ ਹੈ। ਸੰਸਥਾ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਸਥਾ/ਹਸਪਤਾਲ ਦਾ ਕੰਮਕਾਜੀ/ਓ.ਪੀ.ਡੀ. ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2.30 ਵਜੇ ਤਕ ਹੋਵੇਗਾ। ਨਵੀਂ ਸਮਾਂ-ਸਾਰਣੀ 1 ਅਪ੍ਰੈਲ, 2026 ਤੋਂ ਲਾਗੂ ਹੋਵੇਗੀ। ਜ਼ਿਕਰਯੋਗ ਹੈ ਕਿ ਸੂਬੇ ਦੇ ਬਾਕੀ ਸਰਕਾਰੀ ਮੈਡੀਕਲ ਕਾਲਜਾਂ ਵਿਚ ਵੀ ਇਹੋ ਸਮਾਂ-ਸਾਰਣੀ ਲਾਗੂ ਹੈ। ਬੁਲਾਰੇ ਨੇ ਸਪੱਸ਼ਟ ਕੀਤਾ ਕਿ ਨਵੀਂ ਸਮਾਂ-ਸਾਰਣੀ ਓ.ਪੀ.ਡੀ. ਸੇਵਾਵਾਂ ਵਾਸਤੇ ਹੈ, ਜਦ ਕਿ ਐਮਰਜੈਂਸੀ ਸੇਵਾਵਾਂ ਪਹਿਲਾਂ ਵਾਂਗ ਹੀ ਰੋਜ਼ਾਨਾ ਲਗਾਤਾਰ 24 ਘੰਟੇ ਜਾਰੀ ਰਹਿਣਗੀਆਂ। ਓ.ਪੀ.ਡੀ. ਪਰਚੀ ਬਣਵਾਉਣ ਦਾ ਸਮਾਂ ਸਵੇਰੇ 7.30 ਵਜੇ ਤੋਂ ਸਵੇਰੇ 11.30 ਵਜੇ ਤਕ ਹੋਵੇਗਾ। ਬੁਲਾਰੇ ਮੁਤਾਬਕ ਨਵੀਂ ਸਮਾਂ-ਸਾਰਣੀ ਸਿਰਫ਼ ਮੈਡੀਕਲ ਕਾਲਜ ਅਤੇ ਹਸਪਤਾਲ, ਫ਼ੇਜ਼-6 ਨਾਲ ਸਬੰਧਤ ਹੈ, ਜਦ ਕਿ ਜ਼ਿਲ੍ਹੇ ਦੀਆਂ ਬਾਕੀ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਦੇ ਸਮੇਂ ਵਿਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ।

ਜ਼ਿਲ੍ਹੇ ‘ਚ ਚੱਲ ਰਹੇ ਕਾਰਜਾਂ ਨੂੰ ਜਲਦੀ ਮੁਕੰਮਲ ਕਰਨ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 30 ਮਾਰਚ 2026:

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ, ਕੋਮਲ ਮਿੱਤਲ ਵੱਲੋਂ ਵਿਭਾਗਾਂ ਦੇ ਵੱਖ-ਵੱਖ ਅਧਿਕਾਰੀਆਂ ਨਾਲ ਪੇਂਡੂ ਵਿਕਾਸ ਕਾਰਜਾਂ ਦੀ ਸਮੀਖਿਆ ਕਰਦਿਆਂ ਜ਼ਿਲ੍ਹੇ ਵਿਚ ਚੱਲ ਰਹੇ ਵੱਖ-ਵੱਖ ਪ੍ਰੋਜੈਕਟਾਂ/ਕਾਰਜਾਂ ਨੂੰ ਮਿੱਥੇ ਸਮੇਂ ਤੇ ਬਿਨਾਂ ਦੇਰੀ ਦੇ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਗਏ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਲ 2025-26 ਦੌਰਾਨ ਸਮੱਗਰਾ ਸਿੱਖਿਆ ਅਭਿਆਨ ਅਧੀਨ ਸਿਵਲ ਵਰਕਸ ਲਈ ਕੁੱਲ 320 ਲੱਖ ਰੁਪਏ ਦੀ ਗ੍ਰਾਂਟ ਪ੍ਰਾਪਤ ਹੋਈ ਹੈ। ਉਨ੍ਹਾਂ ਨੇ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਕੰਮ ਮਿਆਰੀ ਅਤੇ ਸਮੇਂ ਸਿਰ ਪੂਰੇ ਕੀਤੇ ਜਾਣ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਕੂਲਾਂ ਵਿੱਚ ਬੁਨਿਆਦੀ ਸਹੂਲਤਾਂ ਦਾ ਵਿਕਾਸ ਵਿਦਿਆਰਥੀਆਂ ਨੂੰ ਵਧੀਆ ਸਿੱਖਿਆ ਮਾਹੌਲ ਪ੍ਰਦਾਨ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਸਕੂਲਾਂ ਵਿੱਚ ਹੋ ਰਹੇ ਵਿਕਾਸ ਕਾਰਜਾਂ ਦੀ ਨਿਰੰਤਰ ਨਿਗਰਾਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਨੇ ਸਕੂਲ ਵਿੱਚ ਮਿਲਣ ਵਾਲੇ ਮਿਡ ਡੇ ਮੀਲ ਵੱਲ ਵਧੇਰੇ ਧਿਆਨ ਦਿੰਦਿਆਂ ਕਿਹਾ ਕਿ ਸਮੇਂ ਸਮੇਂ ਤੇ ਖਾਣੇ ਦੀ ਕੁਆਲਿਟੀ ਚੈਕ ਕਰਵਾਈ ਜਾਵੇ ਅਤੇ ਇਸ ਦਾ ਰਜਿਸਟਰ ਵਿੱਚ ਬਕਾਇਦਾ ਇੰਦਰਾਜ ਕੀਤਾ ਜਾਵੇ।

ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਚਲ ਰਹੇ ਪ੍ਰੋਜੈਕਟਾਂ/ਕਾਰਜਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਸ਼ੁਰੂ ਕੀਤੇ ਗਏ ਕੰਮਾਂ ਨੂੰ ਮਿੱਥੇ ਸਮੇਂ ਵਿੱਚ ਪੂਰਾ ਕੀਤਾ ਜਾ ਸਕੇ। ਡਿਪਟੀ ਕਮਿਸ਼ਨਰ ਵੱਲੋਂ ਖੇਡ ਮੈਦਾਨਾਂ, ਪਿੰਡਾਂ ਵਿੱਚ ਬਣ ਰਹੀਆਂ ਲਾਇਬ੍ਰੇਰੀਆਂ, ਆਗਣਵਾੜੀ ਸੈਟਰਾਂ ਅਤੇ ਹੋਰ ਵੱਖ-ਵੱਖ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ। ਉਨ੍ਹਾਂ ਵੱਲੋਂ ਬੀ.ਡੀ.ਪੀ. ਓਜ਼ ਨੂੰ ਕਿਹਾ ਗਿਆ ਕਿ ਉਨ੍ਹਾਂ ਦੇ ਹਲਕੇ ਵਿੱਚ ਜਿਹੜੇ ਵੀ ਵਿਕਾਸ ਪ੍ਰਾਜੈਕਟ ਚਲ ਰਹੇ ਹਨ, ਉਨ੍ਹਾਂ ਨੂੰ ਬਿਨਾਂ ਕਿਸੇ ਦੇਰੀ ਦੇ ਤੁਰੰਤ ਮੁਕੰਮਲ ਕੀਤਾ ਜਾਵੇ।

ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੈਦਾਨੀ ਪੱਧਰ ‘ਤੇ ਨਿਗਰਾਨੀ ਵਧਾਈ ਜਾਵੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ। ਇਸ ਤੋਂ ਇਲਾਵਾ, ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਗੁਣਵੱਤਾ ‘ਤੇ ਕੋਈ ਸਮਝੌਤਾ ਨਾ ਕਰਨ ਦੀ ਵੀ ਹਦਾਇਤ ਦਿੱਤੀ ਗਈ।

   ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿੰਡਾਂ ਦੀ ਸਾਫ਼-ਸਫਾਈ ਦਾ ਜ਼ਿਲ੍ਹੇ ਦੇ ਬੀ.ਡੀ.ਪੀ.ਓਜ਼ ਖੁਦ ਨਿਰੀਖਣ ਕਰਨ ਅਤੇ ਬੀ.ਡੀ.ਪੀ.ਓਜ਼ ਸਮੇਤ ਸਮੂਹ ਅਧਿਕਾਰੀਆਂ ਨੂੰ ਕੰਮਾਂ ਦੀ ਸਮੇਂ-ਸਮੇਂ ਤੇ ਪ੍ਰਗਤੀ ਰਿਪੋਰਟ ਪੇਸ਼ ਕਰਨ ਅਤੇ  ਲਈ ਆਖਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਪੀ.ਡਬਲਿਊ.ਡੀ. ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੜਕਾਂ ਦੇ ਚਲ ਰਹੇ ਕੰਮਾਂ ਨੂੰ ਵੀ ਜਲਦ ਪੂਰਾ ਕੀਤਾ ਜਾਵੇ। ਉਨ੍ਹਾਂ ਨੇ ਪਿੰਡਾਂ ਵਿੱਚ ਸੋਲਿਡ ਅਤੇ ਲਿਕੁਅਡ ਵੇਸਟ ਅਧੀਨ ਕੰਮ ਨੂੰ ਤੇਜ਼ੀ ਨਾਲ ਮਿੱਥੇ ਸਮੇਂ ਅੰਦਰ ਮੁਕੰਮਲ ਕਰਵਾਉਣ ਦੀ ਅਪੀਲ ਕੀਤੀ।

ਉਨ੍ਹਾਂ ਮੀਟਿੰਗ ਦੇ ਦੌਰਾਨ ਸਰਕਾਰ ਵੱਲੋਂ ਚਲਾਈਆ ਜਾ ਰਹੀਆਂ ਵੱਖ-ਵੱਖ ਸਕੀਮਾਂ/ਯੋਜਨਾਵਾਂ ਦਾ ਜਾਇਜ਼ਾ ਲੈਂਦੇ ਹੋਏ ਸਬੰਧਤ ਵਿਭਾਗਾਂ ਨੂੰ ਵਰਤੋਂ ਸਰਟੀਫਿਕੇਟ ਜਲਦੀ ਮੁਹੱਈਆ ਕਰਵਾਉਣ ਦੇ ਨਿਰਦੇਸ਼ ਵੀ ਦਿੱਤੇ।

ਉਨ੍ਹਾਂ ਵਧੇਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਲੜਕੀਆਂ ਨੂੰ ਸਰਵਾਈਕਲ ਕੈਂਸਰ ਤੋਂ ਬਚਾਅ ਲਈ ਚਲਾਈ ਗਈ ਹਿਊਮਨ ਪੈਪੀਲੋਮਾਵਾਇਰਸ (ਐਚ.ਪੀ.ਵੀ) ਵੈਕਸੀਨ ਮੁਹਿੰਮ ਤਹਿਤ 14 ਸਾਲ ਦੀਆਂ ਲੜਕੀਆਂ ਨੂੰ ਇਸ ਬਿਮਾਰੀ ਤੋਂ ਬਚਾਉਣ ਲਈ ਵੈਕਸੀਨੇਸ਼ਨ ਦੀ ਸ਼ੁਰੂਆਤ ਕੀਤੀ ਗਈ ਹੈ, ਜੋ ਕਿ ਭਵਿੱਖ ਵਿੱਚ ਉਹਨਾਂ ਦਾ ਸਰਵੀਕਲ ਕੈਂਸਰ ਤੋਂ ਬਚਾਅ ਕਰੇਗੀ।

ਉਨ੍ਹਾਂ ਵਲੋਂ ਬੱਚੀਆਂ ਦੇ ਮਾਪਿਆਂ ਅਤੇ ਸਿੱਖਿਆ ਵਿਭਾਗ ਨੂੰ ਇਸ ਟੀਕਾਕਰਨ ਮੁਹਿੰਮ ਵਿੱਚ ਸਿਹਤ ਵਿਭਾਗ ਦਾ ਸਹਿਯੋਗ ਕਰਨ ਲਈ ਅਪੀਲ ਕੀਤੀ ਗਈ।

ਇਸ ਤੋਂ ਇਲਾਵਾ ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੁੱਖ ਮੰਤਰੀ ਸਿਹਤ ਯੋਜਨਾ ਦਾ ਲਾਭ ਲੈਂਦਿਆਂ ਆਪਣੇ ਨੇੜਲੇ ਕੇਂਦਰ ਵਿਚ ਜਾ ਕੇ ਸਿਹਤ ਬੀਮਾ ਕਾਰਡ ਬਣਵਾਉਣ।

   ਇਸ ਮੌਕੇ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੋਨਮ ਚੌਧਰੀ, ਸਿਵਲ ਸਰਜਨ, ਸੰਗੀਤਾ ਜੈਨ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ, ਪਰਮਵੀਰ ਕੌਰ, ਸਮੂਹ ਬੀ.ਡੀ.ਪੀ.ਓਜ਼, ਪੀ.ਡਬਲੀਊ.ਡੀ. ਵਿਭਾਗ ਦੇ ਐਕਸੀਅਨ ਅਤੇ ਹੋਰਨਾਂ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਸ਼ਾਮਿਲ ਸਨ।
ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਦੇਸ਼ – ਜਾਗਰੂਕਤਾ ਨਾਟਕ ਆਯੋਜਿਤ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 30 ਮਾਰਚ, 2026:

ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਸਿਵਲ ਸਰਜਨ ਡਾ. ਸੰਗੀਤਾ ਜੈਨ, ਸੀਨੀਅਰ ਮੈਡੀਕਲ ਅਫਸਰ ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ ਅਤੇ ਡੀ.ਡੀ.ਐੱਚ.ਓ ਡਾ. ਪ੍ਰਨੀਤ ਗਰੇਵਾਲ ਦੀ ਯੋਗ ਅਗਵਾਈ ਵਿੱਚ ਅੱਜ ਪੀ.ਐੱਚ.ਸੀ 3 ਬੀ-1 ਵਿਖੇ ਅੰਬਿਕਾ ਕਾਲਜ ਆਫ ਨਰਸਿੰਗ ਬਡਾਲਾ ਦੇ ਵਿਦਿਆਰਥੀਆਂ ਵੱਲੋਂ ਇੱਕ ਜਾਗਰੂਕਤਾ ਨਾਟਕ ਪੇਸ਼ ਕੀਤਾ ਗਿਆ।

ਇਸ ਨਾਟਕ ਦਾ ਮੁੱਖ ਉਦੇਸ਼ ਨਸ਼ਿਆਂ ਅਤੇ ਤਮਾਕੂੰ ਦੇ ਇਸਤੇਮਾਲ ਤੋਂ ਹੋਣ ਵਾਲੇ ਨੁਕਸਾਨਾਂ ਬਾਰੇ ਲੋਕਾਂ ਨੂੰ ਸਚੇਤ ਕਰਨਾ ਸੀ। ਵਿਦਿਆਰਥੀਆਂ ਨੇ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ ਕਿ ਨਸ਼ੇ ਖਾਸ ਕਰਕੇ ਨੌਜਵਾਨ ਪੀੜ੍ਹੀ ਨੂੰ ਕਿਵੇਂ ਪ੍ਰਭਾਵਿਤ ਕਰ ਰਹੇ ਹਨ ਅਤੇ ਇਹ ਸਿਹਤ ਤੇ ਸਮਾਜ ਦੋਹਾਂ ਲਈ ਗੰਭੀਰ ਖਤਰਾ ਬਣ ਰਹੇ ਹਨ। ਨਾਟਕ ਰਾਹੀਂ ਲੋਕਾਂ ਨੂੰ ਸਿਹਤਮੰਦ ਅਤੇ ਖੁਸ਼ਹਾਲ ਜੀਵਨ ਜੀਊਣ ਲਈ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਦੇਸ਼ ਦਿੱਤਾ ਗਿਆ।

ਇਸ ਮੌਕੇ ਤੇ ਮੈਡੀਕਲ ਅਫਸਰ (ਡੈਂਟਲ) ਡਾ. ਸਿਮਰਨਜੀਤ ਕੌਰ ਵੱਲੋਂ ਦੰਦਾਂ ਦੀ ਸਹੀ ਸਫਾਈ ਕਰਨ ਦੀ ਤਕਨੀਕ ਦਿਖਾਈ ਗਈ ਅਤੇ ਮੂੰਹ ਦੀ ਸਫਾਈ ਦੇ ਮਹੱਤਵ ਬਾਰੇ ਵੀ ਜਾਣਕਾਰੀ ਦਿੱਤੀ ਗਈ। ਸੀਨੀਅਰ ਮੈਡੀਕਲ ਅਫਸਰ ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ ਨੇ ਕਿਹਾ ਕਿ ਨਸ਼ਿਆਂ ਦੇ ਖ਼ਿਲਾਫ਼ ਜਾਗਰੂਕਤਾ ਫੈਲਾਉਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਇਸ ਤਰ੍ਹਾਂ ਦੇ ਨਾਟਕ ਲੋਕਾਂ ਨੂੰ ਸਚੇਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਨੌਜਵਾਨਾਂ ਨੂੰ ਚਾਹੀਦਾ ਹੈ ਕਿ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਆਪਣੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਅਤੇ ਸਿਹਤਮੰਦ ਜੀਵਨ ਅਪਣਾਉਣ।
ਇਸ ਮੌਕੇ ਮੈਡੀਕਲ ਅਫਸਰ ਡਾ. ਹਰਿਨੂਰ ਸਿੰਘ ਅਤੇ ਆਯੂਰਵੇਦਿਕ ਮੈਡੀਕਲ ਅਫਸਰ ਡਾ. ਨੀਰਜਾ ਸ਼ਰਮਾ ਵੀ ਮੌਜੂਦ ਰਹੇ।

ਪੰਜਾਬ ਦੇ ਰਾਜਪਾਲ ਵੱਲੋਂ ਮਹਾਂਵੀਰ ਜਯੰਤੀ ਮੌਕੇ ਲੋਕਾਂ ਨੂੰ ਵਧਾਈ

ਚੰਡੀਗੜ੍ਹ, 30 ਮਾਰਚ :

ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਭਗਵਾਨ ਮਹਾਂਵੀਰ ਦੇ ਜਨਮ ਦਿਵਸ, ਮਹਾਵੀਰ ਜਯੰਤੀ ਦੇ ਸ਼ੁਭ ਮੌਕੇ ‘ਤੇ ਪੰਜਾਬ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।

ਆਪਣੇ ਸੰਦੇਸ਼ ਵਿੱਚ ਸ੍ਰੀ ਕਟਾਰੀਆ ਨੇ ਕਿਹਾ ਕਿ ਭਗਵਾਨ ਮਹਾਵੀਰ ਅਹਿੰਸਾ, ਸ਼ਾਂਤੀ ਅਤੇ ਸਦਭਾਵਨਾ ਦੇ ਪੈਰੋਕਾਰ ਸਨ, ਅਤੇ ਅਹਿੰਸਾ, ਵਿਸ਼ਵਵਿਆਪੀ ਭਾਈਚਾਰੇ, ਦਇਆ ਅਤੇ ਬਲੀਦਾਨ ਦੀ ਭਾਵਨਾ ਦੇ ਪ੍ਰਤੀਕ ਸਨ। ਭਗਵਾਨ ਮਹਾਵੀਰ ਵੱਲੋਂ ਆਪਣੇ ਜੀਵਨ ਦੌਰਾਨ ਪ੍ਰਚਾਰ ਕੀਤੇ ਅਤੇ ਅਪਣਾਏ ਗਏ ਉੱਤਮ ਸਿਧਾਂਤ ਸਾਡੇ ਸੱਭਿਆਚਾਰ ਦੀ ਇਕਜੁੱਟਤਾ ਨੂੰ ਦਰਸਾਉਂਦੇ ਹਨ ਅਤੇ ਇੱਕ ਨੇਕ, ਪਵਿੱਤਰ ਅਤੇ ਉਦੇਸ਼ਪੂਰਨ ਜੀਵਨ ਜੀਉਣ ਵਿੱਚ ਸਾਡੀ ਅਗਵਾਈ ਕਰਦੇ ਹਨ। ਇਹ ਸਿੱਖਿਆਵਾਂ ਅੱਜ ਦੇ ਗੁੰਝਲਦਾਰ ਅਤੇ ਭੌਤਿਕਵਾਦੀ ਸੰਸਾਰ ਵਿੱਚ ਹੋਰ ਵੀ ਜ਼ਿਆਦਾ ਪ੍ਰਸੰਗਿਕਤਾ ਰੱਖਦੀਆਂ ਹਨ ਅਤੇ ਪ੍ਰੇਰਨਾ ਸਰੋਤ ਵਜੋਂ ਕੰਮ ਕਰਦੀਆਂ ਹਨ।

ਰਾਜਪਾਲ ਨੇ ਆਸ ਪ੍ਰਗਟਾਈ ਕਿ ਸਾਰੇ ਭਾਈਚਾਰਿਆਂ ਦੇ ਲੋਕ ਆਪਸੀ ਪਿਆਰ ਦੇ ਬੰਧਨ ਨੂੰ ਹੋਰ ਮਜ਼ਬੂਤ ਕਰਨ ਅਤੇ ਮਨੁੱਖਤਾ ਦੀ ਭਲਾਈ ਪ੍ਰਤੀ ਸਮਰਪਿਤ ਹੋ ਕੇ ਕੰਮ ਕਰਨ ਦੇ ਨਵੇਂ ਸੰਕਲਪ ਨਾਲ ਇਸ ਸ਼ੁਭ ਮੌਕੇ ਨੂੰ ਸਮੂਹਿਕ ਤੌਰ ‘ਤੇ ਇਕਜੁੱਟ ਹੋ ਕੇ ਮਨਾਉਣਗੇ।

SGPC ਮੈਂਬਰ ਚਰਨਜੀਤ ਸਿੰਘ ਕਾਲੇਵਾਲ BJP ‘ਚ ਸ਼ਾਮਲ

ਮੋਹਾਲੀ, 30 ਮਾਰਚ :

ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਅੱਜ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਾ ਜਦੋਂ ਪਾਰਟੀ ਦੇ ਮੀਤ ਪ੍ਰਧਾਨ ਅਤੇ ਖਰੜ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਚਰਨਜੀਤ ਸਿੰਘ ਕਾਲੇਵਾਲ ਨੇ ਅਕਾਲੀ ਦਲ ਨੂੰ ਅਲਵਿਦਾ ਆਖਦਿਆਂ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ। ਉਹ ਖਾਲਸਾ ਕਾਲਜ ਚੰਡੀਗੜ੍ਹ ਦੀ ਸੁਸਾਇਟੀ ਦੇ ਮੈਂਬਰ ਵੀ ਰਹਿ ਚੁੱਕੇ ਹਨ।

ਇਸ ਮੌਕੇ ਭਾਜਪਾ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਚਰਨਜੀਤ ਸਿੰਘ ਕਾਲੇਵਾਲ ਦਾ ਪਾਰਟੀ ਵਿਚ ਤਹਿ ਦਿਲੋਂ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸ਼ਾਮਿਲ ਹੋਣ ਨਾਲ ਭਾਜਪਾ ਨੂੰ ਪੰਜਾਬ ਵਿਚ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਭਾਜਪਾ ਦੀ ਨੀਤੀ ਅਤੇ ਪ੍ਰਧਾਨ ਮੰਤਰੀ ਦੀ ਅਗਵਾਈ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਪਾਰਟੀਆਂ ਦੇ ਆਗੂ ਭਾਜਪਾ ਨਾਲ ਜੁੜ ਰਹੇ ਹਨ।

ਅੰਮ੍ਰਿਤਸਰ ’ਚ ਗੋਲੀ ਮਾਰ ਕੇ ਨੌਜਵਾਨ ਦਾ ਕਤਲ

ਅੰਮ੍ਰਿਤਸਰ, 30 ਮਾਰਚ :

ਅੰਮ੍ਰਿਤਸਰ ਜ਼ਿਲ੍ਹੇ ਵਿਚ ਥਾਣਾ ਘਰਿੰਡਾ ਦੇ ਅੰਦਰ ਦਿਨ ਦਿਹਾੜੇ ਇਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਹਿਚਾਣ ਸੋਣਾ ਸਿੰਘ ਵਜੋਂ ਹੋਈ ਹੈ, ਜੋ ਪਿੰਡ ਰਾਜਾਤਾਲ ਦਾ ਰਹਿਣ ਵਾਲਾ ਸੀ। ਰੋਜ਼ਾਨਾ ਦੀ ਤਰ੍ਹਾਂ ਜਦੋਂ ਨੌਜਵਾਨ ਆਪਣੇ ਕੰਮ ਉਤੇ ਜਾ ਰਿਹੇ ਸੀ ਤਾਂ ਹਮਲਾਵਰਾਂ ਨੇ ਉਸ ਉਤੇ ਗੋਲੀਆਂ ਚਲਾ ਦਿੱਤੀਆਂ। ਮ੍ਰਿਤਕ ਦੀ ਮੌਕੇ ਉਤੇ ਹੀ ਮੌਤ ਹੋ ਗਈ। ਮੁਲਜ਼ਮ ਮ੍ਰਿਤਕ ਦੀ ਬਾਈਕ ਅਤੇ ਮੋਟਰਸਾਈਕਲ ਵੀ ਨਾਲ ਲੈ ਗਏ। ਇਸ ਘਟਨਾ ਦਾ ਪਤਾ ਚਲਦਿਆਂ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ। ਪੁਲਿਸ ਦੇ ਦੱਸਣ ਮੁਤਾਬਕ ਇਹ ਪੁਰਾਣੀ ਰੰਜਿਸ਼ ਕਰਕੇ ਨੌਜਵਾਨ ਦਾ ਕਤਲ ਕੀਤਾ ਗਿਆ ਹੈ। ਪੁਲਿਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਉਤੇ FIR ਦਰਜ ਕੀਤੀ ਗਈ ਹੈ। ਦੋਸ਼ੀਆਂ ਨੂੰ ਛੇਤੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

ਹੁਣ ਚੰਡੀਗੜ੍ਹ ਏਅਰਪੋਰਟ ‘ਤੇ ਮਿਲੇਗਾ ਸਸਤਾ ਖਾਣਾ, ਉਡਾਣ ਯਾਤਰੀ ਕੈਫੇ ਦੀ ਸ਼ੁਰੂਆਤ

ਚੰਡੀਗੜ੍ਹ, 30 ਮਾਰਚ :

ਚੰਡੀਗੜ੍ਹ ਤੋਂ ਹਵਾਈ ਸਫ਼ਰ ਕਰਨ ਵਾਲੇ ਮੁਸਾਫ਼ਰਾਂ ਨੂੰ ਮਹਿੰਗੇ ਖਾਣੇ-ਪੀਣੇ ਦੀ ਚਿੰਤਾ ਨਹੀਂ ਸਤਾਏਗੀ। ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਮੋਹਾਲੀ ‘ਤੇ ‘ਉਡਾਨ ਯਾਤਰੀ ਕੈਫੇ’ (Udan Yatri Cafe) ਦੀ ਸ਼ੁਰੂਆਤ ਕੀਤੀ ਗਈ ਹੈ, ਜਿੱਥੇ ਹੁਣ ਮਹਿਜ਼ 10 ਰੁਪਏ ਵਿੱਚ ਚਾਹ ਦੀ ਚੁਸਕੀ ਲਈ ਜਾ ਸਕੇਗੀ। ਏਅਰਪੋਰਟ ‘ਤੇ ਇਸ ਕੈਫੇ ਦਾ ਖੁੱਲ੍ਹਣਾ ਯਾਤਰੀਆਂ ਲਈ ਇੱਕ ਵੱਡੀ ਸੌਗਾਤ ਮੰਨਿਆ ਜਾ ਰਿਹਾ ਹੈ, ਕਿਉਂਕਿ ਇੱਥੇ ਪਹਿਲਾਂ ਖਾਣ-ਪੀਣ ਦੀਆਂ ਚੀਜ਼ਾਂ ਦੇ ਰੇਟ ਬਹੁਤ ਜ਼ਿਆਦਾ ਸਨ।

ਚਾਹ: ₹10

ਪਾਣੀ ਦੀ ਬੋਤਲ: ₹10

ਕੌਫੀ: ₹20

ਸਮੋਸਾ, ਸੈਂਡਵਿਚ ਅਤੇ ਕਚੌਰੀ: ₹20

ਸਵੀਟਸ  (ਮਿਠਾਈ): ₹20

ਜੇਕਰ ਏਅਰਪੋਰਟ ‘ਤੇ ਮੌਜੂਦ ਹੋਰ ਨਿੱਜੀ ਕੈਫੇ ਦੀ ਗੱਲ ਕਰੀਏ ਤਾਂ ਉੱਥੇ ਵੇਜ ਸੈਂਡਵਿਚ ਦੀ ਕੀਮਤ ₹170 ਤੋਂ ਸ਼ੁਰੂ ਹੁੰਦੀ ਹੈ, ਜਦਕਿ ਚਾਹ ₹120 ਅਤੇ ਪਾਣੀ ਦੀ ਬੋਤਲ ₹80 ਤੱਕ ਮਿਲਦੀ ਹੈ। ਅਜਿਹੇ ਵਿੱਚ ‘ਉਡਾਨ ਯਾਤਰੀ ਕੈਫੇ’ ਨਾਲ ਆਮ ਯਾਤਰੀਆਂ ਨੂੰ ਰਾਹਤ ਮਿਲੇਗੀ

ਇਹਨਾਂ ਸਾਰੀਆਂ ਸਹੂਲਤਾਂ ਦਾ ਉਦਘਾਟਨ ਕੇਂਦਰੀ ਨਾਗਰਿਕ ਹਵਾਬਾਜ਼ੀ ਮੰਤਰੀ ਵੱਲੋਂ ਵਰਚੁਅਲੀ (ਵੀਡੀਓ ਰਾਹੀਂ) ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਹਵਾਈ ਅੱਡਿਆਂ ਨੂੰ ਸਿਰਫ਼ ਸਫ਼ਰ ਦਾ ਸਾਧਨ ਨਹੀਂ, ਸਗੋਂ ਯਾਤਰੀਆਂ ਲਈ ਸੁਵਿਧਾਜਨਕ ਅਤੇ ਕਿਫ਼ਾਇਤੀ ਅਨੁਭਵ ਬਣਾਉਣਾ ਹੈ। ਏਅਰਪੋਰਟ ਪ੍ਰਸ਼ਾਸਨ ਅਨੁਸਾਰ, ਇਸ ਕੈਫੇ ਦਾ ਮਕਸਦ ਹਰ ਵਰਗ ਦੇ ਯਾਤਰੀਆਂ ਨੂੰ ਸਸਤੀਆਂ ਦਰਾਂ ‘ਤੇ ਮਿਆਰੀ ਖਾਣਾ ਮੁਹੱਈਆ ਕਰਵਾਉਣਾ ਹੈ।

ਅੰਮ੍ਰਿਤਸਰ ਵਿੱਚ ਗੋਲਡੀ ਢਿੱਲੋਂ ਮਾਡਿਊਲ ਨਾਲ ਸਬੰਧਤ ਦੋ ਆਧੁਨਿਕ ਸਬ-ਮਸ਼ੀਨ ਗਨਾਂ ਬਰਾਮਦ

ਚੰਡੀਗੜ੍ਹ/ਅੰਮ੍ਰਿਤਸਰ, 30 ਮਾਰਚ :

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ 9 ਐਮਐਮ ਸਬ-ਮਸ਼ੀਨ ਗਨਾਂ ਅਤੇ ਇੱਕ ਖਾਲੀ ਮੈਗਜ਼ੀਨ ਬਰਾਮਦ ਕਰਕੇ ਗੈਰ-ਕਾਨੂੰਨੀ ਹਥਿਆਰ ਤਸਕਰੀ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਬਰਾਮਦ ਕੀਤੇ ਗਏ ਹਥਿਆਰਾਂ ‘ਤੇ “ਗਫਾਰ ਸਕਿਊਰਿਟੀ” ਲਿਖਿਆ ਹੋਇਆ ਸੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਰਾਮਦ ਕੀਤੀ ਗਈ ਖੇਪ ਬਦਨਾਮ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ਼ ਗੋਲਡੀ ਢਿੱਲੋਂ ਨਾਲ ਸਬੰਧਤ ਹੈ। ਉਨ੍ਹਾਂ ਦੱਸਿਆ ਕਿ ਇਹ ਹਥਿਆਰ ਉਸਦੇ ਨੈੱਟਵਰਕ ਵੱਲੋਂ ਸੂਬੇ ਵਿੱਚ ਦੇਸ਼ ਵਿਰੋਧੀ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਸਪਲਾਈ ਕੀਤੇ ਜਾ ਰਹੇ ਸਨ।

ਡੀਜੀਪੀ ਨੇ ਦੱਸਿਆ ਕਿ ਫਰਾਰ ਮੁਲਜ਼ਮਾਂ ਦੀ ਪਛਾਣ ਕਰਨ ਅਤੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਕਮਿਸ਼ਨਰ ਆਫ ਪੁਲਿਸ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਵਿਸ਼ੇਸ਼ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਗੁਰੂ ਕੀ ਵਡਾਲੀ, ਛੇਹਰਟਾ ਖੇਤਰ ਵਿੱਚ ਨਾਕਾ ਲਗਾਇਆ ਅਤੇ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਨੌਜਵਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਪੁਲਿਸ ਨੂੰ ਦੇਖ ਕੇ, ਸ਼ੱਕੀ ਨੌਜਵਾਨ ਘਬਰਾ ਗਏ ਅਤੇ ਉਨ੍ਹਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਦੱਸਿਆ ਕਿ ਭੱਜਣ ਦੌਰਾਨ ਉਨ੍ਹਾਂ ਦਾ ਇੱਕ ਕਿੱਟ ਬੈਗ ਡਿੱਗ ਗਿਆ।

ਸੀਪੀ ਨੇ ਦੱਸਿਆ ਕਿ ਬਰਾਮਦ ਕੀਤੇ ਗਏ ਕਿੱਟ ਬੈਗ ਦੀ ਤਲਾਸ਼ੀ ਲੈਣ ‘ਤੇ ਦੋ ਗੈਰ-ਕਾਨੂੰਨੀ 9 ਐਮਐਮ ਸਬ-ਮਸ਼ੀਨ ਗਨਾਂ ਅਤੇ ਇੱਕ ਖਾਲੀ ਮੈਗਜ਼ੀਨ ਬਰਾਮਦ ਹੋਈ।

ਉਨ੍ਹਾਂ ਦੱਸਿਆ ਕਿ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ਼ ਗੋਲਡੀ ਢਿੱਲੋਂ ਕਤਲ, ਡਕੈਤੀ, ਇਰਾਦਾ ਕਤਲ, ਅਗਵਾ, ਦੰਗਾ, ਜਬਰੀ ਵਸੂਲੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਸਮੇਤ ਕਈ ਗੰਭੀਰ ਅਪਰਾਧਾਂ ਵਿੱਚ ਸ਼ਾਮਲ ਹੈ। ਪੁਲਿਸ ਟੀਮਾਂ ਨੇ ਗੁਰਪ੍ਰੀਤ ਉਰਫ਼ ਗੋਲਡੀ ਢਿੱਲੋਂ ਅਤੇ ਉਸਦੇ ਤਿੰਨ ਸਾਥੀਆਂ ਨੂੰ ਨਾਮਜ਼ਦ ਕਰ ਲਿਆ ਹੈ ਅਤੇ ਫਰਾਰ ਮੋਟਰਸਾਈਕਲ ਸਵਾਰ ਵਿਅਕਤੀਆਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਸ ਸਬੰਧੀ, ਐਫਆਈਆਰ ਨੰਬਰ 66 ਮਿਤੀ 29-03-2026 ਨੂੰ ਅੰਮ੍ਰਿਤਸਰ ਦੇ ਥਾਣਾ ਛੇਹਰਟਾ ਵਿਖੇ ਅਸਲਾ ਐਕਟ ਦੀ ਧਾਰਾ 25 (ਆਈ-ਏ) ਤਹਿਤ ਦਰਜ ਕੀਤੀ ਗਈ ਹੈ।

ਪੰਜਾਬ

ਦੇਸ਼