ਚੰਡੀਗੜ੍ਹ, 23 ਜੂਨ 2026, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :
ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਦੀ ਪੰਜਾਬ ਫੇਰੀ ਨੂੰ ਸਿਰਫ਼ ਤੇ ਸਿਰਫ਼ ਇੱਕ ਸਿਆਸੀ ‘ਫੋਟੋ ਸੇਸ਼ਨ’ ਕਰਾਰ ਦਿੰਦਿਆਂ ਕੇਂਦਰ ਦੀ ਭਾਜਪਾ ਸਰਕਾਰ ‘ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਲੀਡਰਸ਼ਿਪ ਕੋਲ ਪੰਜਾਬ ਦੀ ਭਲਾਈ, ਤਰੱਕੀ ਅਤੇ ਵਿਕਾਸ ਲਈ ਨਾ ਤਾਂ ਕੋਈ ਸੋਚ ਹੈ ਅਤੇ ਨਾ ਹੀ ਕੋਈ ਠੋਸ ਏਜੰਡਾ। ਇਹ ਭਾਜਪਾ ਆਗੂ ਸਿਰਫ਼ ਝੂਠੀਆਂ ਗੱਲਾਂ ਰਾਹੀਂ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਅਤੇ ਰਾਜਨੀਤਿਕ ਹਿੱਤਾਂ ਦੀ ਪੂਰਤੀ ਲਈ ਪੰਜਾਬ ਦੇ ਚੱਕਰ ਲਗਾ ਰਹੇ ਹਨ।
ਸ. ਬਰਸਟ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਕਰੀਬ 9,821 ਕਰੋੜ ਰੁਪਏ ਦਾ ਰੂਰਲ ਡਿਵੈਲਪਮੈਂਟ ਫੰਡ (ਆਰ.ਡੀ.ਐਫ.) ਰੋਕਿਆ ਹੋਇਆ ਹੈ, ਜਿਸ ਨਾਲ ਪਿੰਡਾਂ ਦੇ ਵਿਕਾਸ ਕਾਰਜ ਪ੍ਰਭਾਵਿਤ ਹੋ ਰਹੇ ਹਨ, ਪਰ ਇਸ ਬਾਰੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਵੱਲੋਂ ਇੱਕ ਸ਼ਬਦ ਵੀ ਨਹੀਂ ਬੋਲਿਆ ਗਿਆ। ਆਰ.ਡੀ.ਐਫ. ਦੇ ਨਾਲ-ਨਾਲ, ਜੀ.ਐਸ.ਟੀ. ਵਿੱਚ ਪੰਜਾਬ ਦੇ ਬਣਦੇ ਹੱਕੀ ਹਿੱਸੇ ਨੂੰ ਵੀ ਕੇਂਦਰ ਵੱਲੋਂ ਸਮੇਂ ਸਿਰ ਜਾਰੀ ਨਾ ਕਰਕੇ ਸੂਬੇ ਨੂੰ ਆਰਥਿਕ ਤੌਰ ‘ਤੇ ਤੰਗ ਕਰਨ ਦੀ ਡੂੰਘੀ ਸਾਜ਼ਿਸ਼ ਰਚੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਰੂਰਲ ਡਿਵਲਪਮੈਂਟ ਫੰਡ ਸਮੇਤ ਹੋਰ ਫੰਡਾਂ ਨੂੰ ਵੀ ਤੁਰੰਤ ਜਾਰੀ ਕਰੇ। ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਕੇਂਦਰ ਤੋਂ 20 ਹਜ਼ਾਰ ਕਰੋੜ ਰੁਪਏ ਦੇ ਪੈਕੇਜ ਦੀ ਮੰਗ ਕੀਤੀ ਸੀ, ਜਦਕਿ ਕੇਂਦਰ ਸਰਕਾਰ ਵੱਲੋਂ 1600 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਸੀ, ਪਰ ਫਿਰ ਵੀ ਕੇਂਦਰ ਸਰਕਾਰ ਨੇ ਕੁੱਝ ਨਹੀਂ ਦਿੱਤਾ।
ਸ. ਬਰਸਟ ਨੇ ਕਿਹਾ ਕਿ ਨਿਤਿਨ ਨਬੀਨ ਵੱਲੋਂ ਤਿੰਨ ਦਿਨਾਂ ਦੌਰੇ ਦੌਰਾਨ ਕਿਸਾਨਾਂ ਅਤੇ ਕਿਸਾਨੀ ਲਈ ਇੱਕ ਵੀ ਸ਼ਬਦ ਨਹੀਂ ਬੋਲਿਆ ਅਤੇ ਨਾ ਹੀ ਕਿਸਾਨੀ ਨੂੰ ਪ੍ਰਫੂਲਿਤ ਕਰਨ ਲਈ ਕੋਈ ਰੋਡਮੈਪ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪਹਿਲਾ ਵੀ ਕਈ ਵਾਰ ਕਿਸਾਨਾਂ ਨਾਲ ਵਾਅਦੇ ਕਰਕੇ ਮੁੱਕਰ ਚੁੱਕੀ ਹੈ। ਕਿਸਾਨ ਅੰਦੋਲਨ ਦੌਰਾਨ ਵੀ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ ਐਮ.ਐਸ.ਪੀ. ਦੀ ਕਾਨੂੰਨੀ ਗਰੰਟੀ ਦਿੱਤੀ ਜਾਵੇਗੀ। ਪਰ ਅੱਜ ਤੱਕ ਇਹ ਵਾਅਦਾ ਪੂਰਾ ਨਹੀਂ ਕੀਤਾ ਗਿਆ। ਕਿਸਾਨ ਆਗੂਆਂ ਉੱਤੇ ਦਰਜ ਮਾਮਲੇ ਵਾਪਸ ਨਹੀਂ ਲਏ ਗਏ ਅਤੇ ਅੰਦੋਲਨ ਦੌਰਾਨ ਟਰੈਕਟਰਾਂ ਦੇ ਹੋਏ ਨੁਕਸਾਨ ਦਾ ਕੋਈ ਮੁਆਵਜਾਂ ਨਹੀਂ ਦਿੱਤਾ ਗਿਆ। ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਕੇਂਦਰ ਸਰਕਾਰ ਆਪਣੇ ਹੀ ਵਾਅਦਿਆਂ ਤੋਂ ਮੁੱਕਰ ਚੁੱਕੀ ਹੈ। ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਮਨਰੇਗਾ ਵਿੱਚ ਕਾਨੂੰਨ ਬਦਲੇ ਗਏ ਹਨ, ਜਿਸ ਕਰਕੇ ਪੰਜਾਬ ਦੇ ਮਜਦੂਰਾਂ ਨੂੰ ਕੰਮ ਨਹੀਂ ਮਿਲ ਰਿਹਾ ਹੈ। ਇਸਦੇ ਲਈ ਸਿਰਫ਼ ਤੇ ਸਿਫਰ਼ ਕੇਂਦਰ ਦੀ ਭਾਜਪਾ ਸਰਕਾਰ ਜਿੰਮੇਵਾਰ ਹੈ, ਜਿਸਨੇ ਮਨਰੇਗਾ ਵਿੱਚ ਬਦਲਾਅ ਕਰਕੇ ਪੰਜਾਬ ਦੇ ਮਜਦੂਰਾਂ ਨੂੰ ਕੰਮ ਤੋਂ ਵਾਂਝੇ ਰੱਖਿਆ ਹੈ।
ਉਨ੍ਹਾਂ ਕਿਹਾ ਕਿ ਦੇਸ਼ ਦੇ ਕਈ ਸੂਬਿਆਂ ਵਿੱਚ ਪੰਜਾਬੀਆਂ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ। ਖਾਸ ਤੌਰ ਤੇ ਹਰਿਆਣਾ, ਉੱਤਰ ਪ੍ਰਦੇਸ਼ ਅਤੇ ਉਤਰਾਖੰਡ ਵਿੱਚ ਪੰਜਾਬੀਆਂ ਨੂੰ ਨਿਸ਼ਾਨਾ ਬਣਾਉਣ ਦੀਆਂ ਘਟਨਾਵਾਂ ਚਿੰਤਾ ਦਾ ਵਿਸ਼ਾ ਹਨ। ਇਸ ਪਿੱਛੇ ਭਾਜਪਾ ਦੇ ਕੱਟੜ ਆਗੂਆਂ ਦਾ ਹੱਥ ਹੈ, ਜੋ ਸਮਾਜ ਵਿੱਚ ਨਫ਼ਰਤੀ ਮਾਹੌਲ ਪੈਦਾ ਕਰਨਾ ਚਾਹੁੰਦੇ ਹਨ। ਭਾਜਪਾ ਦੀ ਕੇਂਦਰੀ ਲੀਡਰਸ਼ਿਪ ਵੱਲੋਂ ਇਸ ਨਫ਼ਰਤ ਵਿਰੁੱਧ ਜਾਂ ਭਾਈਚਾਰਕ ਸਾਂਝ ਬਣਾਈ ਰੱਖਣ ਲਈ ਇੱਕ ਵੀ ਸ਼ਬਦ ਨਹੀਂ ਬੋਲਿਆ ਗਿਆ।
ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੰਜਾਬ ਦੀ ਇੰਡਸਟਰੀ ਲਈ ਵੀ ਕੋਈ ਵਿਸ਼ੇਸ਼ ਨੀਤੀ ਨਹੀਂ ਬਣਾਈ ਗਈ। ਗੁਆਂਢੀ ਸੂਬਿਆਂ ਨੂੰ ਵੱਖ-ਵੱਖ ਛੂਟਾਂ ਦੇ ਕੇ ਉਦਯੋਗਾਂ ਨੂੰ ਉੱਥੇ ਸਥਾਪਿਤ ਹੋਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ, ਜਿਸ ਕਾਰਨ ਪੰਜਾਬ ਦੀ ਇੰਡਸਟਰੀ ਨੂੰ ਮਜਬੂਰਨ ਸ਼ਿਫਟ ਹੋਣਾ ਪੈ ਰਿਹਾ ਹੈ। ਇਹ ਪੰਜਾਬ ਦੇ ਰੋਜ਼ਗਾਰ ਅਤੇ ਆਰਥਿਕ ਵਿਕਾਸ ਲਈ ਗੰਭੀਰ ਚੁਣੌਤੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਦੇਸ਼ ਭਰ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਕੇਂਦਰੀ ਏਜੰਸੀਆਂ, ਖ਼ਾਸ ਕਰਕੇ ਈ.ਡੀ. ਰਾਹੀਂ ਧਮਕਾ ਕੇ ਭਾਜਪਾ ਵਿੱਚ ਸ਼ਾਮਲ ਕੀਤਾ ਜਾ ਰਿਹਾ ਹੈ।
ਸ. ਬਰਸਟ ਨੇ ਕਿਹਾ ਕਿ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਦੀ ਪੰਜਾਬ ਫੇਰੀ ਤੋਂ ਸਪੱਸ਼ਟ ਹੋ ਗਿਆ ਹੈ ਕਿ ਭਾਜਪਾ ਕੋਲ ਪੰਜਾਬ ਦੀ ਤਰੱਕੀ, ਕਿਸਾਨੀ, ਉਦਯੋਗ, ਵਿੱਤੀ ਹੱਕਾਂ ਲਈ ਕੋਈ ਨੀਤੀ ਨਹੀਂ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲਗਾਤਾਰ ਸੂਬੇ ਦਾ ਵਿਕਾਸ ਕੀਤਾ ਜਾ ਰਿਹਾ ਹੈ, ਜਿਸ ਤੋਂ ਲੋਕ ਬਹੁਤ ਖੁਸ਼ ਹਨ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਮੁੜ ਤੋਂ ਆਮ ਆਦਮੀ ਪਾਰਟੀ ਨੂੰ ਵੋਟਾਂ ਪਾ ਕੇ ਕਾਮਯਾਬ ਕਰਨਗੇ।