Breaking News
IDF ਨੇ ਮਾਰ ਸੁੱਟਿਆ ਈਰਾਨ ਦਾ YAK-130 ਲਾੜਕੂ ਜਹਾਜ਼

ਇਜ਼ਰਾਈਲ-ਅਮਰੀਕਾ ਤੇ ਈਰਾਨ ਵਿਚਕਾਰ ਜੰਗ ਦੇ ਚਲਦਿਆਂ ਇਕ ਦੂਜੇ ਦੇਸ਼ ਉਤੇ ਵੱਡੇ ਹਮਲੇ ਕੀਤੇ ਜਾ ਰਹੇ ਹਨ। ਇਜ਼ਰਾਈਲ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਈਰਾਨ ਦੇ YAK-130 ਲੜਾਕੂ ਜਹਾਜ਼ ਨੂੰ ਮਾਰ ਮੁਕਾਇਆ ਹੈ। ਇਜ਼ਰਾਈਲ ਨੇ ਇਕ ਵੀਡੀਓ ਜਾਰ ਕਰਕੇ ਦੱਸਿਆ ਕਿ ਉਸਨੇ ਤੇਹਰਾਨ ਦੇ ਆਸਮਾਨ ਵਿਚ F-351 ‘ਅਦਿਰ’ ਤੋਂ ਈਰਾਨੀ ਜਹਾਜ਼ ਉਤੇ ਹਮਲਾ ਕੀਤਾ। ਇਜ਼ਰਾਈਲ ਨੇ ਹਵਾਈ ਫੌਜ ਈਰਾਨੀ ਆਤੰਕੀ ਸ਼ਾਸਨ ਦੀਆਂ ਦਰਜ਼ਨਾਂ ਬੁਨਿਆਦੇ ਢਾਚਿਆਂ ਉਤੇ ਹਮਲੇ ਜਾਰੀ ਰੱਖ ਰਹੀ ਹੈ।

ਨਿਤੀਸ਼ ਕੁਮਾਰ ਨੇ ਰਾਜ ਸਭਾ ਲਈ ਨਾਮਜ਼ਦਗੀ

ਪਟਨਾ, 5 ਮਾਰਚ :

ਬਿਹਾਰ ਦੀ ਰਾਜਨੀਤੀ ਵਿੱਚ ਅੱਜ  ਇੱਕ ਵੱਡਾ ਮੋੜ ਆਇਆ ਹੈ। ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਅੱਜ ਰਾਜ ਸਭਾ ਲਈ ਆਪਣੀ ਨਾਮਜ਼ਦਗੀ ਦਾਖਲ ਕਰ ਦਿੱਤੀ ਹੈ। ਨਿਤੀਸ਼ ਕੁਮਾਰ ਨੇ ਅੱਜ ਪਟਨਾ ਵਿੱਚ ਵਿਧਾਨ ਸਭਾ ਸਕੱਤਰੇਤ ਵਿਖੇ ਆਪਣੇ ਕਾਗਜ਼ ਦਾਖਲ ਕੀਤੇ। ਇਸ ਮੌਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਵਿਸ਼ੇਸ਼ ਤੌਰ ‘ਤੇ ਉੱਥੇ ਮੌਜੂਦ ਸਨ। ਰਾਜ ਸਭਾ ਲਈ ਨਾਮਜ਼ਦਗੀ ਭਰਨ ਤੋਂ ਬਾਅਦ, ਉਹ ਹੁਣ ਬਿਹਾਰ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣਗੇ। ਇਸ ਨਾਲ ਬਿਹਾਰ ਵਿੱਚ ਉਨ੍ਹਾਂ ਦਾ ਲਗਭਗ 20 ਸਾਲਾਂ ਦਾ ਸ਼ਾਸਨ ਖ਼ਤਮ ਹੋ ਜਾਵੇਗਾ।

ਨਾਮਜ਼ਦਗੀ ਭਰਨ ਤੋਂ ਪਹਿਲਾਂ ਨਿਤੀਸ਼ ਕੁਮਾਰ ਨੇ ਸੋਸ਼ਲ ਮੀਡੀਆ ਪਲੈਟਫਾਰਮ ਐਕਸ ‘ਤੇ ਲਿਖਿਆ ਕਿ ਉਨ੍ਹਾਂ ਦੀ ਇੱਛਾ ਸੀ ਕਿ ਉਹ ਚਾਰੇ ਸਦਨਾਂ ਵਿਧਾਨ ਸਭਾ, ਵਿਧਾਨ ਪ੍ਰੀਸ਼ਦ, ਲੋਕ ਸਭਾ ਅਤੇ ਰਾਜ ਸਭਾ ਦੇ ਮੈਂਬਰ ਬਣਨ। ਰਾਜ ਸਭਾ ਜਾ ਕੇ ਉਨ੍ਹਾਂ ਦੀ ਇਹ ਇੱਛਾ ਪੂਰੀ ਹੋ ਰਹੀ ਹੈ। ਤਾਂ ਹੁਣ ਉਨ੍ਹਾਂ ਦੇ ਰਾਜ ਸਭਾ ਜਾਣ ਨਾਲ ਬਿਹਾਰ ਦੇ ਮੁੱਖ ਮੰਤਰੀ ਦੀ ਕੁਰਸੀ ਖਾਲੀ ਹੋ ਜਾਵੇਗੀ।

ਈਰਾਨ ਨੇ ਅਜਰਬੈਜਾਨ ਉਤੇ ਕੀਤਾ ਹਮਲਾ, ਅਮਰੀਕੀ ਬੇਸ ਨੂੰ ਬਣਾਇਆ ਨਿਸ਼ਾਨਾ

ਤੇਹਰਾਨ, 5 ਮਾਰਚ :

ਇਜ਼ਰਾਈਲ-ਅਮਰੀਕਾ ਅਤੇ ਇਰਾਨ ਵਿਚਕਾਰ ਚੱਲਦੀ ਜੰਗ ਅੱਜ 6ਵੀਂ ਦਿਨ ਵੀ ਲਗਾਤਾਰ ਜਾਰੀ ਹੈ। ਈਰਾਨ ਵੱਲੋਂ ਅੱਜ ਅਜਰਬੈਜਾਨ ਉਤੇ ਹਮਲਾ ਕੀਤਾ ਗਿਆ ਹੈ। ਈਰਾਨ ਵੱਲੋਂ ਅਜਰਬੈਜਾਨ ਦੇ ਏਅਰਪੋਰਟ ਉਤੇ ਈਰਾਨੀ ਡਰੋਨ ਨਾਲ ਹਮਲਾ ਕੀਤਾ ਹੈ। ਹਮਲੇ ਤੋਂ ਬਾਅਦ ਅੱਗ ਲੱਗ ਗਈ ਹੈ। ਅੱਗ ਲੱਗਣ ਕਾਰਨ ਲੋਕਾਂ ਵਿਚ ਹਲਚਲ ਮਚ ਗਈ। ਜ਼ਿਕਰਯੋਗ ਹੈ ਕਿ ਇਸ ਜੰਗ ਦੌਰਾਨ ਈਰਾਨ ਵੱਲ਼ ਮਿਡਲ ਈਸਟ ਵਿਚ ਅਮਰੀਕਾ ਬੇਸ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

ਨਿਹੰਗਾਂ ਦੇ ਬਾਣੇ ’ਚ ਆਏ ਲੁਟੇਰਿਆਂ ਵੱਲੋਂ ਸੁਨਿਆਰੇ ਦੇ ਘਰ ’ਚ ਤਿੰਨ ਕਰੋੜ ਦੀ ਲੁੱਟ

ਗੁਰਦਾਸਪੁਰ, 5 ਮਾਰਚ :

ਗੁਰਦਾਸਪੁਰ ਵਿਚ ਇਕ ਵੱਡੀ ਘਟਨਾ ਸਾਹਮਣੇ ਆਈ ਹੈ। ਗੁਰਦਾਸਪੁਰ ਵਿਚ ਇਕ ਸੁਨਿਆਰੇ ਦੇ ਘਰ ਵਿਚੋਂ ਲੁਟੇਰੇ ਤਿੰਨ ਕਰੋੜ ਦੀ ਲੁੱਟ ਕਰਕੇ ਫਰਾਰ ਹੋ ਗਏ। ਮਿਲੀ ਜਾਣਕਾਰੀ ਮੁਤਾਬਕ ਨਿਹੰਗਾਂ ਦੇ ਬਾਣੇ ਵਿਚ ਆਏ ਵਿਅਕਤੀਆਂ ਨੇ ਹਥਿਆਰਾਂ ਦੀ ਨੋਕ ਉਤੇ ਪਹਿਲਾਂ ਪਰਿਵਾਰ ਨੂੰ ਘਰ ਵਿਚ ਹੀ ਬੰਦੀ ਬਣਾਇਆ ਗਿਆ। ਇਸ ਤੋਂ ਬਾਅਦ ਲੁਟੇਰੇ ਗਹਿਣੇ ਅਤੇ ਨਗਦੀ ਲੈ ਕੇ ਫਰਾਰ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਕਰੀਬ 3 ਕਰੋੜ ਰੁਪਏ ਦੀ ਲੁੱਟ ਹੋਈ ਹੈ। ਲੁਟੇਰੇ ਜਾਂਦੇ ਹੋਏ ਸੀਸੀਟੀਵੀ ਕੈਮਰਿਆਂ ਦੀ ਡੀਵੀਆਰ ਵੀ ਨਾਲ ਲੈ ਗਏ ਹਨ। ਇਸ ਘਟਨਾ ਦਾ ਪਤਾ ਚਲਦਿਆਂ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਮਾਨ ਸਰਕਾਰ ਨੇ 35.7 ਲੱਖ ਲਾਭਪਾਤਰੀਆਂ ਨੂੰ 23,102 ਕਰੋੜ ਰੁਪਏ ਤੋਂ ਵੱਧ ਰਾਸ਼ੀ ਦੀਆਂ ਪੈਨਸ਼ਨਾਂ ਵੰਡੀਆਂ : ਡਾ. ਬਲਜੀਤ ਕੌਰ

ਸਮਾਜਿਕ ਸੁਰੱਖਿਆ ਸਕੀਮਾਂ ਵਿੱਚ 5.2 ਲੱਖ ਤੋਂ ਵੱਧ ਨਵੇਂ ਲਾਭਪਾਤਰੀ ਕੀਤੇ ਸ਼ਾਮਲ; 1.9 ਲੱਖ ਤੋਂ ਵੱਧ ਮ੍ਰਿਤਕ ਜਾਂ ਅਯੋਗ ਪੈਨਸ਼ਨਰਾਂ ਨੂੰ ਰਿਕਾਰਡ ਤੋਂ ਹਟਾ ਕੇ 350 ਕਰੋੜ ਰੁਪਏ ਸਾਲਾਨਾ ਰਾਸ਼ੀ ਬਚਾਈ

ਪਿਛਲੀਆਂ ਸਰਕਾਰਾਂ ਦੁਆਰਾ ਮ੍ਰਿਤਕ ਲਾਭਪਾਤਰੀਆਂ ਨੂੰ ਟਰੈਕ ਕਰਨ ਵਿੱਚ ਅਸਫ਼ਲ ਰਹਿਣ ਅਤੇ ਜਨਤਕ ਭਲਾਈ ਪ੍ਰਣਾਲੀ ਵਿੱਚ ਵਾਪਸ ਲਿਆਉਣ ਕਾਰਨ ਬੈਂਕ ਖਾਤਿਆਂ ਵਿੱਚ ਅਣਵਰਤੀ 450 ਕਰੋੜ ਰੁਪਏ ਦੀ ਰਾਸ਼ੀ ਨੂੰ ਭਲਾਈ ਸਕੀਮਾਂ ਲਈ ਵਰਤਿਆ

ਮਿਸ਼ਨ ਜੀਵਨਜੋਤ ਤਹਿਤ ਭੀਖ ਮੰਗਣ ਅਤੇ ਸ਼ੋਸ਼ਣ ਤੋਂ 1,027 ਬੱਚਿਆਂ ਨੂੰ ਬਚਾਇਆ

ਪੰਜਾਬ ਭਰ ਵਿੱਚ ਹਰ ਮਹੀਨੇ 1.20 ਕਰੋੜ ਮੁਫ਼ਤ ਬੱਸ ਯਾਤਰਾਵਾਂ ਨਾਲ ਔਰਤਾਂ ਨੂੰ ਬਣਾਇਆ ਸਸ਼ਕਤ; ਮਾਹਵਾਰੀ ਦੌਰਾਨ ਔਰਤਾਂ ਦੀ ਸਿਹਤ ਅਤੇ ਮਾਣ-ਸਨਮਾਨ ਲਈ 7.37 ਕਰੋੜ ਰੁਪਏ ਦੇ ਸੈਨੇਟਰੀ ਪੈਡ ਵੰਡੇ

ਚੰਡੀਗੜ੍ਹ, 5 ਮਾਰਚ 2026:

ਸਮਾਜਿਕ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਦਿਆਂ ਔਰਤਾਂ ਅਤੇ ਬੱਚਿਆਂ ਨੂੰ ਸਸ਼ਕਤ ਬਣਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਲ 2022 ਤੋਂ ਸਾਲ 2026 ਵਿਚਕਾਰ ਸਮਾਜਿਕ ਸੁਰੱਖਿਆ ਅਤੇ ਮਹਿਲਾ ਤੇ ਬਾਲ ਵਿਕਾਸ ਵਿਭਾਗ ਰਾਹੀਂ ਇਤਿਹਾਸਕ ਪ੍ਰਾਪਤੀਆਂ ਕੀਤੀਆਂ ਹਨ। ਇਹ ਜਾਣਕਾਰੀ ਅੱਜ ਇੱਥੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ।

ਸਮਾਜ ਦੇ ਕਮਜ਼ੋਰ ਵਰਗਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦਿਆਂ ਭਗਵੰਤ ਮਾਨ ਸਰਕਾਰ ਨੇ ਆਰਥਿਕ ਤੌਰ ‘ਤੇ ਕਮਜ਼ੋਰ ਪਿਛੋਕੜ ਵਾਲੇ 5.2 ਲੱਖ ਤੋਂ ਵੱਧ ਪੰਜਾਬੀਆਂ ਨੂੰ ਸਮਾਜਿਕ ਸੁਰੱਖਿਆ ਪੈਨਸ਼ਨ ਸਕੀਮ ਵਿੱਚ ਸ਼ਾਮਲ ਕੀਤਾ ਹੈ। ਇਸ ਦੇ ਨਾਲ ਹੀ ਲਗਭਗ 35.7 ਲੱਖ ਬਜ਼ੁਰਗ ਨਾਗਰਿਕਾਂ, ਬੇਸਹਾਰਾ ਤੇ ਵਿਧਵਾ ਔਰਤਾਂ ਅਤੇ ਦਿਵਿਆਗਜਨਾਂ ਨੂੰ 23,102 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਵੰਡੀ ਗਈ ਹੈ।

ਪਿਛਲੀਆਂ ਸਰਕਾਰਾਂ ਦੌਰਾਨ ਕਈ ਸਾਲਾਂ ਤੋਂ ਚੱਲੀਆਂ ਆ ਰਹੀਆਂ ਪ੍ਰਸ਼ਾਸਕੀ ਅਣਗਹਿਲੀਆਂ ਅਤੇ ਸਹੀ ਨਿਗਰਾਨੀ ਵਿਧੀਆਂ ਵਿੱਚ ਸੋਧ ਕਰਦਿਆਂ ਭਗਵੰਤ ਮਾਨ ਸਰਕਾਰ ਨੇ ਪੈਨਸ਼ਨ ਸਬੰਧੀ ਰਿਕਾਰਡਾਂ ਦੀ ਵਿਆਪਕ ਤਸਦੀਕ ਕੀਤੀ। ਇਸ ਪ੍ਰਕਿਰਿਆ ਦੌਰਾਨ 1.9 ਲੱਖ ਤੋਂ ਵੱਧ ਉਨ੍ਹਾਂ ਪੈਨਸ਼ਨਰਾਂ ਦੀ ਪਛਾਣ ਕੀਤੀ ਗਈ ਹੈ, ਜਿਨ੍ਹਾਂ ਦੀ ਮੌਤ ਹੋ ਚੁੱਕੀ ਹੈ ਜਾਂ ਜਿਹੜੇ ਮੌਜੂਦ ਨਹੀਂ ਹਨ ਅਤੇ ਉਨ੍ਹਾਂ ਨੂੰ ਸਰਕਾਰੀ ਰਿਕਾਰਡਾਂ ਤੋਂ ਹਟਾਇਆ ਗਿਆ ਹੈ। ਇਨ੍ਹਾਂ ਕਮੀਆਂ ਨੂੰ ਦੂਰ ਕਰਦਿਆਂ ਅਤੇ ਮਜ਼ਬੂਤ ਤਸਦੀਕ ਪ੍ਰਣਾਲੀਆਂ ਦੀ ਸ਼ੁਰੂਆਤ ਕਰਦਿਆਂ ਪੰਜਾਬ ਸਰਕਾਰ ਨੇ ਜਨਤਕ ਫੰਡਾਂ ਵਿੱਚ 350 ਕਰੋੜ ਰੁਪਏ ਤੋਂ ਵੱਧ ਦੀ ਸਾਲਾਨਾ ਬੱਚਤ ਨੂੰ ਯਕੀਨੀ ਬਣਾਇਆ ਹੈ।

ਇਸ ਦੌਰਾਨ ਇਹ ਵੀ ਪਾਇਆ ਗਿਆ ਕਿ ਪੈਨਸ਼ਨ ਰਾਸ਼ੀ ਪਿਛਲੇ ਕਈ ਸਾਲਾਂ ਤੋਂ ਅਨੇਕਾਂ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੀ ਜਾਂਦੀ ਰਹੀ ਹੈ ਜਦੋਂ ਕਿ ਇਹ ਵਿਅਕਤੀ ਹੁਣ ਜ਼ਿੰਦਾ ਨਹੀਂ ਹਨ ਜਾਂ ਪੈਨਸ਼ਨ ਲੈਣ ਯੋਗ ਨਹੀਂ ਸਨ। ਇਸ ਦਾ ਮੁੱਖ ਕਾਰਨ ਇਹ ਰਿਹਾ ਹੈ ਕਿ ਪਿਛਲੀਆਂ ਸਰਕਾਰਾਂ ਅਜਿਹੇ ਮਾਮਲਿਆਂ ਨੂੰ ਟਰੈਕ ਕਰਨ ਲਈ ਸਹੀ ਪ੍ਰਣਾਲੀਆਂ ਸਥਾਪਤ ਕਰਨ ਵਿੱਚ ਅਸਫਲ ਰਹੀਆਂ। ਨਤੀਜੇ ਵਜੋਂ ਇਨ੍ਹਾਂ ਖਾਤਿਆਂ ਵਿੱਚ ਲਗਭਗ 450 ਕਰੋੜ ਰੁਪਏ ਦੀ ਰਾਸ਼ੀ ਇੱਕਤਰ ਹੋ ਗਈ ਅਤੇ ਇਸ ਦੀ ਵਰਤੋਂ ਨਹੀਂ ਕੀਤੀ ਜਾ ਰਹੀ ਸੀ। ਭਗਵੰਤ ਮਾਨ ਸਰਕਾਰ ਨੇ ਇਨ੍ਹਾਂ ਖਾਤਿਆਂ ਦੀ ਪਛਾਣ ਕੀਤੀ ਅਤੇ ਬੈਂਕਾਂ ਵਿੱਚ ਅਣਵਰਤੇ ਫੰਡਾਂ ਦੀ ਲੋਕ ਭਲਾਈ ਪ੍ਰਣਾਲੀ ਵਿੱਚ ਵਰਤੋਂ ਕੀਤੀ।

ਰਾਜ ਵਿਆਪੀ “ਸਾਡੇ ਬਜ਼ੁਰਗ ਸਦਾ ਮਾਨ” ਮੁਹਿੰਮ ਤਹਿਤ ਭਗਵੰਤ ਮਾਨ ਸਰਕਾਰ ਨੇ ਸੀਨੀਅਰ ਨਾਗਰਿਕਾਂ ਨੂੰ ਹਰ ਸੰਭਵ ਸੇਵਾਵਾਂ ਪ੍ਰਦਾਨ ਕਰਨਾ ਯਕੀਨੀ ਬਣਾਇਆ ਅਤੇ 20,110 ਤੋਂ ਵੱਧ ਬਜ਼ੁਰਗ ਵਿਅਕਤੀਆਂ ਨੂੰ ਰਜਿਸਟਰ ਕੀਤਾ। ਕੈਂਪਾਂ ਵਿੱਚ ਮੁਫਤ ਅੱਖਾਂ ਅਤੇ ਈਐਨਟੀ ਜਾਂਚ, ਮੋਤੀਆਬਿੰਦ ਦੀ ਜਾਂਚ, ਐਨਕਾਂ ਦੀ ਵੰਡ, ਆਰਥੋਪੀਡਿਕ ਸਲਾਹ, ਸੀਨੀਅਰ ਸਿਟੀਜ਼ਨ ਕਾਰਡ ਜਾਰੀ ਕਰਨ ਅਤੇ ਮੌਕੇ ‘ਤੇ ਪੈਨਸ਼ਨ ਦੀ ਸਹੂਲਤ ਪ੍ਰਦਾਨ ਕੀਤੀ ਗਈ।

ਬਜ਼ੁਰਗਾਂ ਦੀ ਦੇਖਭਾਲ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਦਿਆਂ ਪੰਜਾਬ ਸਰਕਾਰ ਨੇ ਮਾਨਸਾ ਵਿਖੇ 9.12 ਕਰੋੜ ਰੁਪਏ ਦੀ ਲਾਗਤ ਨਾਲ 72 ਬੈੱਡਾਂ ਵਾਲਾ ਸਰਕਾਰੀ ਬਿਰਧ ਆਸ਼ਰਮ ਸਥਾਪਤ ਕੀਤਾ ਅਤੇ 14 ਜ਼ਿਲ੍ਹਿਆਂ ਵਿੱਚ ਬਿਰਧ ਆਸ਼ਰਮ ਚਲਾਉਣ ਵਾਲੇ ਗੈਰ-ਸਰਕਾਰੀ ਸੰਗਠਨਾਂ ਨੂੰ ਲਗਭਗ 7 ਕਰੋੜ ਰੁਪਏ ਦੀ ਗ੍ਰਾਂਟ-ਇਨ-ਏਡ ਦਿੱਤੀ। ਇਸ ਦੇ ਨਾਲ ਹੀ ਸੀਨੀਅਰ ਸਿਟੀਜ਼ਨ ਡੇਅ ਕੇਅਰ ਸੈਂਟਰਾਂ ਨੂੰ ਵੀ ਵਿੱਤੀ ਸਹਾਇਤਾ ਦਿੱਤੀ ਗਈ।

ਮਾਤਾ-ਪਿਤਾ ਤੇ ਸੀਨੀਅਰ ਸਿਟੀਜ਼ਨ ਦਾ ਪਾਲਣ ਪੋਸ਼ਣ ਤੇ ਭਲਾਈ ਐਕਟ-2007 ਦੇ ਲਾਗੂ ਕਰਨ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ ਅਤੇ ਜ਼ਿਲ੍ਹਿਆਂ ਵਿੱਚ ਮੇਨਟੈਨੈਸ ਟ੍ਰਿਬਿਊਨਲ ਤੇ ਐਪੀਲੈਂਟ ਟ੍ਰਿਬਿਊਨਲ ਕਾਰਜਸ਼ੀਲ ਕੀਤੇ ਗਏ ਹਨ। ਮੇਨਟੈਨੈਸ ਟ੍ਰਿਬਿਊਨਲਾਂ ਅਧੀਨ ਕੁੱਲ 1,120 ਕੇਸ ਹੱਲ ਕੀਤੇ ਗਏ ਅਤੇ ਐਪੀਲੈਂਟ ਟ੍ਰਿਬਿਊਨਲਾਂ ਅਧੀਨ 669 ਕੇਸਾਂ ਦਾ ਨਿਪਟਾਰਾ ਕੀਤਾ ਗਿਆ, ਜਿਸ ਨਾਲ ਬਜ਼ੁਰਗ ਨਾਗਰਿਕਾਂ ਲਈ ਸਮੇਂ ਸਿਰ ਨਿਆਂ ਯਕੀਨੀ ਬਣਾਇਆ ਗਿਆ।

ਹੈਲਪਏਜ ਇੰਡੀਆ ਦੇ ਸਹਿਯੋਗ ਨਾਲ ਬਜ਼ੁਰਗ ਹੈਲਪਲਾਈਨ 14567 ‘ਤੇ ਵਿੱਤੀ ਸਾਲ 2025-26 ਵਿੱਚ 2,956 ਕੇਸ ਦਰਜ ਕੀਤੇ ਅਤੇ ਉਨ੍ਹਾਂ ਵਿੱਚੋਂ 2,930 ਨੂੰ ਸਫਲਤਾਪੂਰਵਕ ਹੱਲ ਕੀਤਾ ਅਤੇ ਪੈਨਸ਼ਨ, ਸਿਹਤ ਸੰਭਾਲ ਤੇ ਕਾਨੂੰਨੀ ਮਾਮਲਿਆਂ ‘ਤੇ ਸਲਾਹ ਅਤੇ ਸਹਾਇਤਾ ਪ੍ਰਦਾਨ ਕੀਤੀ।

ਔਰਤਾਂ ਦੇ ਸਫ਼ਰ ਅਤੇ ਸਸ਼ਕਤੀਕਰਨ ਲਈ ਇੱਕ ਇਤਿਹਾਸਕ ਪਹਿਲਕਦਮੀ ਵਿੱਚ ਮੁਫ਼ਤ ਬੱਸ ਯਾਤਰਾ ਯੋਜਨਾ ਨਾਲ ਔਰਤਾਂ ਨੂੰ ਹਰ ਮਹੀਨੇ ਲਗਭਗ 1.20 ਕਰੋੜ ਮੁਫ਼ਤ ਬੱਸ ਯਾਤਰਾਵਾਂ ਦੇ ਸਮਰੱਥ ਬਣਾਇਆ ਹੈ। ਪੰਜਾਬ ਸਰਕਾਰ ਨੇ ਇਸ ਯੋਜਨਾ ‘ਤੇ 2,000 ਕਰੋੜ ਰੁਪਏ ਤੋਂ ਵੱਧ ਖਰਚ ਕੀਤੇ ਹਨ, ਜਿਸ ਨਾਲ ਨੌਜਵਾਨ ਔਰਤਾਂ ਕਾਲਜ ਜਾਣ ਦੇ ਯੋਗ ਬਣੀਆਂ ਹਨ, ਕਾਮਿਆਂ ਲਈ ਜੇਬ ਵਿੱਚੋਂ ਖਰਚੇ ਘਟੇ ਹਨ ਅਤੇ ਪੰਜਾਬ ਭਰ ਵਿੱਚ ਸੁਰੱਖਿਅਤ ਤੇ ਸੁਤੰਤਰ ਸਫ਼ਰ ਨੂੰ ਯਕੀਨੀ ਬਣਾਇਆ ਗਿਆ ਹੈ।

ਕੰਮਕਾਜੀ ਔਰਤਾਂ ਦੀ ਸਹਾਇਤਾ ਲਈ ਮੋਹਾਲੀ, ਜਲੰਧਰ ਅਤੇ ਅੰਮ੍ਰਿਤਸਰ ਵਿਖੇ ਲਗਭਗ 150 ਕਰੋੜ ਦੀ ਕੁੱਲ ਲਾਗਤ ਨਾਲ ਪੰਜ ਕੰਮਕਾਜੀ ਮਹਿਲਾ ਹੋਸਟਲ ਬਣਾਏ ਜਾ ਰਹੇ ਹਨ। ਕ੍ਰੈਚ ਸਹੂਲਤਾਂ ਨਾਲ ਲੈਸ ਇਹ ਹੋਸਟਲ ਇੱਕ ਸਾਲ ਦੇ ਅੰਦਰ ਤਿਆਰ ਹੋ ਜਾਣਗੇ ਅਤੇ ਔਰਤਾਂ ਨੂੰ ਪਰਿਵਾਰਕ ਜ਼ਿੰਮੇਵਾਰੀਆਂ ਨੂੰ ਸੰਤੁਲਿਤ ਕਰਦੇ ਹੋਏ ਆਪਣੇ ਘਰਾਂ ਤੋਂ ਦੂਰ ਕਰੀਅਰ ਬਣਾਉਣ ਦੇ ਯੋਗ ਬਣਾਉਣਗੇ।

ਬਚਪਨ ਦੇ ਸ਼ੁਰੂਆਤੀ ਵਿਕਾਸ ਨੂੰ ਆਨੰਦਮਈ ਅਤੇ ਪਹੁੰਚਯੋਗ ਬਣਾਉਣ ਲਈ, ਪਿਛਲੇ ਚਾਰ ਸਾਲਾਂ ਵਿੱਚ ਲਗਭਗ 4,400 ਆਂਗਣਵਾੜੀ ਵਰਕਰਾਂ ਦੀ ਭਰਤੀ ਕੀਤੀ ਗਈ ਹੈ, ਜਦੋਂ ਕਿ 6,100 ਤੋਂ ਵੱਧ ਵਾਧੂ ਵਰਕਰਾਂ ਅਤੇ ਸਹਾਇਕਾਂ ਦੀ ਭਰਤੀ ਪ੍ਰਕਿਰਿਆ ਅਧੀਨ ਹੈ।

ਭਗਵੰਤ ਮਾਨ ਸਰਕਾਰ “ਨਵੀਂ ਦਿਸ਼ਾ ਯੋਜਨਾ” ਤਹਿਤ ਸਾਰੇ 27,314 ਆਂਗਣਵਾੜੀ ਕੇਂਦਰਾਂ ਵਿੱਚ ਸੈਨੇਟਰੀ ਨੈਪਕਿਨ ਮੁਫਤ ਪ੍ਰਦਾਨ ਕਰ ਰਹੀ ਹੈ। ਹਰੇਕ ਯੋਗ ਔਰਤ ਨੂੰ ਹਰ ਮਹੀਨੇ ਨੌਂ ਸੈਨੇਟਰੀ ਪੈਡ ਮੁਫਤ ਵੰਡੇ ਜਾਂਦੇ ਹਨ। ਹੁਣ ਤੱਕ 13.65 ਲੱਖ ਔਰਤਾਂ ਨੂੰ 7.37 ਕਰੋੜ ਸੈਨੇਟਰੀ ਪੈਡ ਵੰਡੇ ਜਾ ਚੁੱਕੇ ਹਨ, ਜੋ ਮਾਹਵਾਰੀ ਦੌਰਾਨ ਔਰਤਾਂ ਲਈ ਸਫਾਈ, ਸਿਹਤ ਅਤੇ ਮਾਣ-ਸਨਮਾਨ ਨੂੰ ਯਕੀਨੀ ਬਣਾਉਂਦੇ ਹਨ।

ਮਾਤਰੂ ਵੰਦਨਾ ਯੋਜਨਾ ਰਾਹੀਂ, ਪਹਿਲੇ ਬੱਚੇ ਲਈ ਯੋਗ ਔਰਤਾਂ ਨੂੰ ਦੋ ਕਿਸ਼ਤਾਂ ਵਿੱਚ 5,000 ਰੁਪਏ ਅਤੇ ਦੂਜੀ ਕੁੜੀ ਪੈਦਾ ਹੋਣ ‘ਤੇ ਇੱਕੋ ਕਿਸ਼ਤ ਵਿੱਚ 6,000 ਰੁਪਏ ਦਿੱਤੇ ਜਾਂਦੇ ਹਨ। ਕੇਂਦਰ ਸਰਕਾਰ ਦੇ 2,94,288 ਲਾਭਪਾਤਰੀਆਂ ਦੇ ਟੀਚੇ ਦੇ ਮੁਕਾਬਲੇ ਪੰਜਾਬ ਵਿੱਚ ਚਾਰ ਸਾਲਾਂ ‘ਚ 4,22,492 ਲਾਭਪਾਤਰੀਆਂ ਨੂੰ ਰਜਿਸਟਰ ਕੀਤਾ ਗਿਆ, ਜੋ ਕਿ ਨਿਰਧਾਰਤ ਟੀਚੇ ਤੋਂ ਲਗਭਗ ਦੁੱਗਣਾ ਹੈ।

ਮਾਨ ਸਰਕਾਰ “ਪੋਸ਼ਣ ਵੀ ਪੜ੍ਹਾਈ ਵੀ” ਮੁਹਿੰਮ ਤਹਿਤ ਆਂਗਣਵਾੜੀ ਕੇਂਦਰਾਂ ਨੂੰ ਬੁਨਿਆਦੀ ਸਿੱਖਿਆ ਦੇ ਕੇਂਦਰਾਂ ਵਿੱਚ ਵੀ ਅਪਗ੍ਰੇਡ ਕਰ ਰਹੀ ਹੈ। 8,600 ਤੋਂ ਵੱਧ ਕਰਮਚਾਰੀਆਂ ਨੂੰ ਸਿਖਲਾਈ ਦਿੱਤੀ ਗਈ ਹੈ ਅਤੇ 12,000 ਤੋਂ ਵੱਧ ਕਰਮਚਾਰੀਆਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ। ਪ੍ਰਾਈਵੇਟ ਪਲੇਵੇਅ ਸਕੂਲਾਂ ਸਮੇਤ ਸਾਰੇ ਕੇਂਦਰਾਂ ਵਿੱਚ ਇੱਕ ਢਾਂਚਾਗਤ ਪਲੇ-ਵੇਅ ਪਾਠਕ੍ਰਮ ਲਾਗੂ ਕੀਤਾ ਜਾਵੇਗਾ, ਜਿਸਦੀ ਨਿਗਰਾਨੀ, ਮਾਨਕੀਕਰਨ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ ਕੀਤੀ ਗਈ ਹੈ।

ਬੁਨਿਆਦੀ ਢਾਂਚੇ ਦੇ ਵਿਸਥਾਰ ਨੂੰ ਤਰਜੀਹ ਦਿੰਦਿਆਂ 140 ਕਰੋੜ ਰੁਪਏ ਦੀ ਲਾਗਤ ਨਾਲ 1,000 ਨਵੇਂ ਆਂਗਣਵਾੜੀ ਕੇਂਦਰ ਬਣਾਏ ਜਾ ਰਹੇ ਹਨ, ਜਿਨ੍ਹਾਂ ਵਿੱਚੋਂ 780 ਮੁਕੰਮਲ ਹੋ ਚੁੱਕੇ ਹਨ ਅਤੇ 220 ਤਿਆਰ ਹੋਣ ਦੇ ਨੇੜੇ ਹਨ। ਇਸ ਤੋਂ ਇਲਾਵਾ 350 ਕੇਂਦਰਾਂ ਵਿੱਚੋਂ 337 ਨੂੰ ਅਪਗ੍ਰੇਡ ਕੀਤਾ ਗਿਆ ਹੈ, ਬਾਕੀ 13 ਮੁਕੰਮਲ ਹੋਣ ਦੇ ਨੇੜੇ ਹਨ। ਮੋਗਾ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਵਿੱਚ 100 ਸਕਸ਼ਮ ਆਂਗਣਵਾੜੀ ਕੇਂਦਰਾਂ ਦਾ ਵਿਕਾਸ ਪ੍ਰਕਿਰਿਆ ਅਧੀਨ ਹੈ।

ਪ੍ਰੋਜੈਕਟ ਜੀਵਨਜੋਤ ਤਹਿਤ 1,027 ਬੱਚਿਆਂ ਨੂੰ ਬਾਲ ਭੀਖ ਮੰਗਣ ਅਤੇ ਸ਼ੋਸ਼ਣ ਤੋਂ ਬਚਾਇਆ ਗਿਆ ਹੈ। ਜ਼ਿਆਦਾਤਰ ਬੱਚਿਆਂ ਨੂੰ ਪਰਿਵਾਰਾਂ ਨਾਲ ਦੁਬਾਰਾ ਮਿਲਾਇਆ ਗਿਆ, ਜਦੋਂ ਕਿ ਬਾਕੀਆਂ ਨੂੰ ਸੁਰੱਖਿਆ ਅਤੇ ਪੁਨਰਵਾਸ ਲਈ ਬਾਲ ਦੇਖਭਾਲ ਸੰਸਥਾਵਾਂ ਵਿੱਚ ਰੱਖਿਆ ਗਿਆ ਹੈ। ਤਸਕਰੀ ਅਤੇ ਸ਼ੋਸ਼ਣ ਨੂੰ ਰੋਕਣ ਲਈ ਮਿਸ਼ਨ ਜੀਵਨਜੋਤ-II ਸ਼ੁਰੂ ਕੀਤਾ ਗਿਆ ਹੈ, ਜਿਸ ਵਿੱਚ ਡੀਐਨਏ ਟੈਸਟਿੰਗ ਸ਼ਾਮਲ ਹੈ ਅਤੇ ਇਸ ਦੌਰਾਨ ਕਈ ਬੱਚੇ ਅਣਜਾਣ ਬਾਲਗਾਂ ਨਾਲ ਭੀਖ ਮੰਗਦੇ ਪਾਏ ਗਏ।

ਭਗਵੰਤ ਮਾਨ ਸਰਕਾਰ ਨੇ ਬਾਲ ਵਿਆਹ ਵਿਰੁੱਧ ਵੀ ਸਖ਼ਤ ਕਾਰਵਾਈ ਕਰਦਿਆਂ ਚਾਰ ਸਾਲਾਂ ਦੌਰਾਨ 165 ਰਿਪੋਰਟ ਕੀਤੇ ਗਏ ਮਾਮਲਿਆਂ ਵਿੱਚੋਂ 150 ਨੂੰ ਮੌਕੇ ‘ਤੇ ਹੀ ਰੋਕਿਆ ਅਤੇ ਬਾਕੀ ਮਾਮਲਿਆਂ ਵਿੱਚ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਅਤੇ ਇਸ ਦੇ ਨਾਲ ਹੀ ਸਲਾਹ ਅਤੇ ਪੁਨਰਵਾਸ ਸਹਾਇਤਾ ਵੀ ਦਿੱਤੀ।

ਇਸ ਤੋਂ ਇਲਾਵਾ 11,000 ਤੋਂ ਵੱਧ ਗਰੀਬ ਬੱਚਿਆਂ ਨੂੰ ਸਪਾਂਸਰਸ਼ਿਪ ਸਕੀਮ ਤਹਿਤ ਪ੍ਰਤੀ ਮਹੀਨਾ 4,000 ਰੁਪਏ ਪ੍ਰਾਪਤ ਕੀਤੇ ਹਨ। ਸਰਕਾਰੀ ਵਿਸ਼ੇਸ਼ ਗੋਦ ਲੈਣ ਵਾਲੀਆਂ 16 ਨਵੀਆਂ ਏਜੰਸੀਆਂ ਦੀ ਸਥਾਪਨਾ ਨਾਲ ਗੋਦ ਲੈਣ ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾਇਆ ਹੈ, ਜਿਸ ਦੇ ਨਤੀਜੇ ਵਜੋਂ ਹੁਣ ਤੱਕ 164 ਬੱਚੇ ਸਫਲਤਾਪੂਰਵਕ ਗੋਦ ਲਏ ਗਏ ਹਨ।

ਇਹ ਪ੍ਰਾਪਤੀਆਂ ਭਗਵੰਤ ਮਾਨ ਸਰਕਾਰ ਦੀ ਪਾਰਦਰਸ਼ੀ ਸ਼ਾਸਨ, ਸਮਾਜਿਕ ਨਿਆਂ ਅਤੇ ਸਮਾਵੇਸ਼ੀ ਵਿਕਾਸ ਪ੍ਰਤੀ ਅਟੁੱਟ ਵਚਨਬੱਧਤਾ ਨੂੰ ਉਜਾਗਰ ਕਰਦੀਆਂ ਹਨ। ਸਮਾਜ ਦੇ ਹਾਸ਼ੀਏ ‘ਤੇ ਧੱਕੇ ਵਰਗਾਂ, ਜਿਨ੍ਹਾਂ ਨੂੰ ਪਿਛਲੀਆਂ ਸਰਕਾਰਾਂ ਦੁਆਰਾ ਲੰਬੇ ਸਮੇਂ ਤੋਂ ਅਣਗੌਲਿਆ ਕੀਤਾ ਗਿਆ ਸੀ, ਵੱਲ ਹੁਣ ਵਿਸ਼ੇਸ਼ ਧਿਆਨ ਦਿੰਦਿਆਂ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਭਲਾਈ ਸਕੀਮਾਂ ਨੂੰ ਹਰ ਯੋਗ ਵਿਅਕਤੀ ਤੱਕ ਪਹੁੰਚਣਾ ਯਕੀਨੀ ਬਣਾਇਆ ਜਾ ਰਿਹਾ ਹੈ।

ਅੱਜ ਹੋਣ ਵਾਲੀ ਮੰਤਰੀ ਮੰਡਲ ਦੀ ਮੀਟਿੰਗ ਮੁਲਤਵੀ

ਚੰਡੀਗੜ੍ਹ, 5 ਮਾਰਚ :

ਪੰਜਾਬ ਮੰਤਰੀ ਮੰਡਲ ਦੀ ਅੱਜ 5 ਮਾਰਚ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ ਕੀਤੀ ਗਈ ਹੈ। ਅੱਜ ਹੋਣ ਵਾਲੀ ਮੀਟਿੰਗ ਹੁਣ 6 ਮਾਰਚ ਕੱਲ੍ਹ ਨੂੰ ਸਵੇਰੇ 9:30 ਵਜੇ ਪੰਜਾਬ ਵਿਧਾਨ ਸਭਾ ਸਕੱਤਰੇਤ, ਚੰਡੀਗੜ੍ਹ ਵਿਖੇ ਹੋਵੇਗੀ। ਇਸ ਮੀਟਿੰਗ ਵਿਚ ਕਈ ਅਹਿਮ ਮੁੱਦਿਆਂ ’ਤੇ ਚਰਚਾ ਕੀਤੀ ਜਾਵੇਗੀ ਅਤੇ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ। ਭਲਕੇ 6 ਮਾਰਚ ਤੋਂ ਹੀ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਸ਼ੁਰੂ ਹੋਵੇਗਾ।

ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਵੇਗਾ ਨਿਤੀਸ਼ ਕੁਮਾਰ, ਜਾਣਗੇ ਰਾਜ ਸਭਾ

ਨਵੀਂ ਦਿੱਲੀ, 5 ਮਾਰਚ :

ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਅਸਤੀਫਾ ਦੇ ਕੇ ਹੁਣ ਰਾਜ ਸਭਾ ਜਾਣਗੇ। ਕਰੀਬ 20 ਸਾਲ ਦੀ ਕਮਾਨ ਸੰਭਾਲਣ ਤੋਂ ਬਾਅਦ ਹੁਣ ਨੀਤੀਸ਼ ਕੁਮਾਰ ਦਿੱਲੀ ਦੀ ਸਿਆਸਤ ਵਿਚ ਜਾਣ ਲਈ ਤਿਆਰ ਹਨ। ਨੀਤੀਸ਼ ਕੁਮਾਰ ਰਾਜ ਸਭਾ ਚੋਣਾਂ ਲਈ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਨੀਤੀਸ਼ ਕੁਮਾਰ ਨੇ ਸੋਸ਼ਲ ਮੀਡੀਆ ਉਤੇ ਲਿਖਿਆ ਹੈ, ‘ਸੰਸਦੀ ਜੀਵਨ ਸ਼ੁਰੂ ਕਰਨ ਦੇ ਸਮੇਂ ਤੋਂ ਹੀ ਮੇਰੇ ਮਨ ਵਿਚ ਇਕ ਇੱਛਾ ਸੀ ਕਿ ਮੈਂ ਬਿਹਾਰ ਵਿਧਾਨ ਮੰਡਲ ਦੇ ਦੋਵਾਂ ਸਦਨਾਂ ਨਾਲ ਸੰਸਦ ਦੇ ਵੀ ਦੋਵਾਂ ਸਦਨਾਂ ਦਾ ਮੈਂਬਰ ਬਣਾ। ਇਸੇ ਕਰਮ ਵਿਚ ਇਸ ਵਾਰ ਹੋ ਰਹੀਆਂ ਚੋਣਾਂ ਵਿਚ ਰਾਜ ਸਭਾ ਦਾ ਮੈਂਬਰ ਬਣਨਾ ਚਾਹੁੰਦਾ ਹਾਂ।

ਇਜ਼ਰਾਈਲ-ਅਮਰੀਕਾ ਤੇ ਈਰਾਨ ਜੰਗ ਦੌਰਾਨ ਆਈ FAKE ਖ਼ਬਰ, ਭਾਰਤ ਵਿਦੇਸ਼ ਮੰਤਰਾਲੇ ਨੇ ਦਿੱਤਾ ਸਪੱਸ਼ਟੀਕਰਨ

ਨਵੀਂ ਦਿੱਲੀ, 5 ਮਾਰਚ :

ਸਾਬਕਾ ਅਮਰੀਕੀ ਫੌਜ ਦੇ ਕਰਨਲ ਵੱਲੋਂ ਭਾਰਤ ਦੀਆਂ ਬੰਦਰਗਾਹਾਂ ਵਰਤਣ ਦੇ ਦਿੱਤੇ ਗਏ ਬਿਆਨ ਨੂੰ ਭਾਰਤ ਨੇ ਮੁੱਢੋਂ ਰੱਦ ਕਰ ਦਿੱਤਾ ਹੈ। ਇਕ ਇੰਟਰਵਿਊ ਵਿਚ ਅਮਰੀਕਾ ਫੌਜ ਦੇ ਸਾਬਕਾ ਕਰਨਲ ਨੇ ਦਾਅਵਾ ਕੀਤਾ ਸੀ ਕਿ ਅਮਰੀਕਾ, ਈਰਾਨ ਉਤੇ ਹਮਲੇ ਕਰਨ ਲਈ ਭਾਰਤੀ ਬੰਦਰਗਾਹਾਂ ਦੀ ਵਰਤੋਂ ਕਰ ਰਿਹਾ ਹੈ। ਭਾਰਤ ਨੇ ਫੈਕਟ ਚੈਕ ਵਿਚ ਇਸ ਰਿਪੋਰਟ ਦੇ ਦਾਅਵਿਆਂ ਨੂੰ ਰੱਦ ਕਰ ਦਿੱਤਾ ਹੈ। ਭਾਰਤ ਨੇ ਇਨ੍ਹਾਂ ਦਾਅਵਿਆਂ ਨੂੰ ਬੇਬੁਨਿਆਦ ਦੱਸਿਆ। ਸਾਬਕਾ ਅਮਰੀਕੀ ਫੌਜ ਕਰਨਲ ਡਗਲਸ ਮੈਕਗ੍ਰੇਗਰ ਨੇ ਅਮਰੀਕਾ ਦੇ ਨਿਊਜ਼ ਚੈਨਲ ਨੂੰ ਦਿੱਤੀ ਗਈ ਇੰਟਰਵਿਊ ਵਿਚ ਕਿਹਾ, ‘ਈਰਾਨ ਖਿਲਾਫ ਯੁੱਧ ਵਿਚ ਅਮਰੀਕਾ ਭਾਰਤੀ ਨੌਸੈਨਿਕ ਅੱਡਿਆਂ ਦੀ ਵਰਤੋਂ ਕਰ ਰਿਹਾ ਹੈ। ਸਾਡੇ ਸਾਰੇ ਅੱਡੇ ਬਰਬਾਦ ਹੋ ਚੁੱਕੇ ਹਨ। ਸਾਡੇ ਬਦਰਗਾਹ ਪੂਰੀ ਤਰ੍ਹਾਂ ਨਾਲ ਤਬਾਹ ਹੋ ਗਏ ਹਨ। ਸਾਨੂੰ ਭਾਰਤੀ ਬੰਦਰਗਾਹਾਂ ਉਤੇ ਨਿਰਭਰ ਹੋਣਾ ਪੈ ਰਿਹਾ ਹੈ, ਜੋ ਕਿ ਆਇਡਿਲ ਸਥਿਤੀ ਨਹੀਂ ਹੈ। ਇਹ ਨੌ ਸੈਨਾ ਦਾ ਕਹਿਣਾ ਹੈ। ਹੁਣ ਭਾਰਤੀ ਵਿਦੇਸ਼ ਮੰਤਰਾਲੇ ਦਾ ਬਿਆਨ ਸਾਹਮਣੇ ਆਇਆ ਹੈ। ਵਿਦੇਸ਼ ਮੰਤਰਾਲੇ ਨੇ ਫੈਕਟਚੈਕ ਅਕਾਊਂਟ ਉਤੇ ਇਨ੍ਹਾਂ ਦਾਅਵਿਆਂ ਨੂੰ ਫਰਜ਼ੀ ਅਤੇ ਝੂਠੇ ਦੱਸਿਆ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਇਹ ਦਾਅਵਾ ਫਰਜ਼ੀ ਅਤੇ ਝੂਠੇ ਹਨ। ਉਨ੍ਹਾਂ ਕਿਹਾ ਕਿ ਤੁਹਾਨੂੰ ਇਸ ਤਰ੍ਹਾਂ ਦੀਆਂ ਨਿਰਅਧਾਰ ਅਤੇ ਮਨਘੜਤ ਟਿੱਪਣੀਆਂ ਤੋਂ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਜਾਂਦੀ ਹੈ।

ਸੋਸ਼ਲ ਮੀਡੀਆ ’ਤੇ ਸਰਗਰਮ ਰਹਿਣ ਵਾਲੀ ਨੈਂਸੀ ਗਰੇਵਾਲ ਦਾ ਕਤਲ

ਚੰਡੀਗੜ੍ਹ, 5 ਮਾਰਚ :

ਸੋਸ਼ਲ ਮੀਡੀਆ ਉਤੇ ਆਪਣੀਆਂ ਟਿੱਪਣੀਆਂ ਦੇ ਕਾਰਨ ਚਰਚਾ ਵਿਚ ਰਹਿਣ ਵਾਲੀ ਨੈਂਸੀ ਗਰੇਵਾਲ ਦਾ ਕੈਨੇਡਾ ਵਿਚ ਕਤਲ ਕਰ ਦਿੱਤਾ ਗਿਆ ਹੈ। ਨੈਂਸੀ ਗਰੇਵਾਲ ਦੇ ਕਤਲ ਸਬੰਧੀ ਲਾਸਾਲ ਪੁਲਿਸ ਨੇ ਸੋਸ਼ਲ ਮੀਡੀਆ ਉਤੇ ਇਕ ਪੋਸਟ ਪਾ ਕੇ ਜਾਣਕਾਰੀ ਦਿੱਤੀ ਹੈ। ਪੁਲਿਸ ਨੇ ਕਿਹਾ ਕਿ 45 ਸਾਲਾ ਨੈਂਸੀ ਗਰੇਵਾਲ ਦਾ ਚਾਕੂ ਮਾਰ ਕੇ ਕਤਲ ਕੀਤਾ ਗਿਆ ਹੈ। ਪੁਲਿਸ ਮੁਤਾਬਕ ਮੰਗਲਵਾਰ ਰਾਤ ਨੂੰ ਕਰੀਬ ਸਾਢੇ 9 ਵਜੇ ਘਰ ਉਤੇ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ।

ਪੁਲਿਸ ਨੇ ਕਿਹਾ, ਪੁਲੀਸ ਅਤੇ ਪੈਰਾਮੈਡਿਕਸ ਮੰਗਲਵਾਰ ਰਾਤ 9:30 ਵਜੇ ਤੋਂ ਕੁਝ ਸਮਾਂ ਪਹਿਲਾਂ ਟੌਡ ਲੇਨ ਦੇ 2400 ਬਲਾਕ ਵਿੱਚ ਚਾਕੂ ਮਾਰਨ ਦੀ ਸੂਚਨਾ ਮਿਲਣ ‘ਤੇ ਪਹੁੰਚੀ ਸੀ। ਬਚਾਅ ਕਰਮਚਾਰੀਆਂ ਨੂੰ ਉੱਥੇ ਇੱਕ ਮਹਿਲਾ ਮਿਲੀ ਜੋ ਚਾਕੂ ਦੇ ਜ਼ਖ਼ਮਾਂ ਨਾਲ ਜੂਝ ਰਹੀ ਸੀ। ਪੁਲੀਸ ਨੇ ਦੱਸਿਆ ਕਿ ਐਸੈਕਸ-ਵਿੰਡਸਰ ਐਮਰਜੈਂਸੀ ਮੈਡੀਕਲ ਸਰਵਿਸਿਜ਼ ਦੇ ਮੈਂਬਰਾਂ ਨੇ ਮਹਿਲਾ ਨੂੰ ਹਸਪਤਾਲ ਪਹੁੰਚਾਇਆ,ਜਿੱਥੇ ਉਸ ਨੇ “ਜ਼ਖ਼ਮਾਂ ਦੀ ਤਾਬ ਨਾ ਝਲਦਿਆਂ ਉਸਦੀ ਮੌਤ ਹੋ ਗਈ। 

ਕਾਂਗਰਸ ਨੇ ਰਾਜ ਸਭਾ ਚੋਣ ਲਈ ਉਮੀਦਵਾਰਾਂ ਦਾ ਕੀਤਾ ਐਲਾਨ

ਨਵੀਂ ਦਿੱਲੀ, 5 ਮਾਰਚ :

ਰਾਜ ਸਭਾ ਦੀਆਂ ਹੋਣ ਵਾਲੀਆਂ ਚੋਣਾਂ ਲਈ ਕਾਂਗਰਸ ਪਾਰਟੀ ਵੱਲੋਂ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਕਾਂਗਰਸ ਪਾਰਟੀ ਨੇ 6 ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਹਰਿਆਣਾ ਤੋਂ ਰਾਜ ਸਭਾ ਸੀਟ ਲਈ ਕਰਮਵੀਰ ਸਿੰਘ ਬੋਧ ਨੂੰ ਬਣਾਇਆ ਉਮੀਦਵਾਰ। ਹਿਮਾਚਲ ਤੋਂ ਅਨੁਰਾਗ ਸ਼ਰਮਾ, ਛੱਤੀਸਗੜ੍ਹ ਤੋਂ ਫੁਲੋ ਦੇਵੀ ਨੂੰ ਉਮੀਦਵਾਰ ਬਣਾਇਆ ਹੈ।

ਪੰਜਾਬ

ਦੇਸ਼