Breaking News
ਅਟਾਰੀ-ਵਾਹਘਾ ਸਰਹੱਦ ’ਤੇ ਰਿਟ੍ਰੀਟ ਸੈਰੇਮਨੀ ਦਾ ਸਮਾਂ ਬਦਲਿਆ

ਅੰਮ੍ਰਿਤਸਰ, 1 ਅਪ੍ਰੈਲ :

ਭਾਰਤ ਪਾਕਿਸਤਾਨ ਦੀ ਅਟਾਰੀ-ਵਾਹਘਾ ਸਰਹੱਦ ਉਤੇ ਹੋਣ ਵਾਲੀ ਰਿਟ੍ਰੀਟ ਸੈਰੇਮਨੀ ਦਾ ਸਮਾਂ ਬਦਲਿਆ ਗਿਆ ਹੈ। ਅਟਾਰੀ-ਵਾਹਘਾ ਬਾਰਡਰ ਉਤੇ ਹਰ ਰੋਜ਼ ਹੋਣ ਵਾਲੀ ਇਸ ਸੇਰੇਮਨੀ ਨੂੰ ਦੇਖਣ ਲਈ ਵੱਡੀ ਗਿਣਤੀ ਲੋਕ ਪਹੁੰਚਦੇ ਹਨ। ਨਵੇਂ ਸਮੇਂ ਮੁਤਾਬਕ ਹੁਣ ਸ਼ਾਮ 5.30 ਵਜੇ ਤੋਂ ਸ਼ੁਰੂ ਹੋ ਕੇ 6.00 ਵਜੇ ਤੱਕ ਚਲੇਗੀ। ਇਸ ਤੋਂ ਪਹਿਲਾਂ ਰਿਟ੍ਰੀਟ ਸੇਰੇਮਨੀ 5 ਵਜੇ ਤੋਂ ਸ਼ੁਰੂ ਹੋ ਕੇ ਸਾਢੇ 5 ਵਜੇ ਤੱਕ ਚਲਦੀ ਸੀ। ਮੌਸਮ ਵਿੱਚ ਆਈ ਤਬਦੀਲੀ ਕਰਕੇ ਇਹ ਫੈਸਲਾ ਲਿਆ ਗਿਆ ਹੈ। ਨਵਾਂ ਸਮਾਂ ਅੱਜ 1 ਅਪ੍ਰੈਲ ਤੋਂ ਲਾਗੂ ਹੋਵੇਗਾ।

ਏ.ਡੀ.ਸੀ. ਵੱਲੋਂ ਆਰ ਬੀ ਕੰਸਲਟੈਂਟਸੀ ਫਰਮ ਦਾ ਲਾਇਸੰਸ ਰੱਦ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 1 ਅਪ੍ਰੈਲ , 2026:

ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਗੀਤਿਕਾ ਸਿੰਘ ਵੱਲੋਂ ਆਰ ਬੀ ਕੰਸਲਟੈਂਟਸੀ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਆਰ ਬੀ ਕੰਸਲਟੈਂਟਸੀ ਫਰਮ ਸ਼ੋਅਰੂਮ ਨੰਬਰ 84/1 ਤੀਜੀ ਮੰਜ਼ਿਲ ਸ਼ਾਹੀ ਮਾਜਰਾ ਫੇਜ਼-5, ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਸ਼੍ਰੀ ਰਾਜ ਕੁਮਾਰ ਪੁੱਤਰ ਸ਼੍ਰੀ ਸਹਿਦੇਵ ਗੁਪਤਾ ਵਾਸੀ ਪਿੰਡ ਗਲਬਿੰਦਗੜ੍ਹ, ਨੇੜੇ ਮਾੜੀ, ਸਨੇਟਾ, ਤਹਿਸੀਲ ਖਰੜ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਨੰ: 420/ਆਈ ਸੀ ਮਿਤੀ 06.11.2020 ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ ਮਿਤੀ 05.11.2025 ਨੂੰ ਖਤਮ ਹੋ ਚੁੱਕੀ ਹੈ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ, ਲਾਇਸੰਸੀ ਵੱਲੋਂ ਐਕਟ/ਰੂਲਜ਼ ਅਤੇ ਐਡਵਾਈਜ਼ਰੀ ਅਨੁਸਾਰ ਲਾਇਸੰਸ ਰਿਨਿਊ ਨਾ ਕਰਵਾਉਣ ਕਰਕੇ, ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਦੇ ਉਪਬੰਧਾਂ ਦੀ ਉਲੰਘਣਾ ਕੀਤੀ ਗਈ ਹੈ।

ਉਕਤ ਤੱਥਾਂ ਦੇ ਸਨਮੁੱਖ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1) (ਈ) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ, ਆਰ ਬੀ ਕੰਸਲਟੈਂਟਸੀ ਫਰਮ ਨੂੰ ਜਾਰੀ ਲਾਇਸੰਸ ਨੰਬਰ 420/ਆਈ ਸੀ ਮਿਤੀ 06.11.2020 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ।

ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ/ਡਾਇਰੈਕਟਰ/ਪਾਰਟਨਰ/ਲਾਇਸੰਸੀ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ ਜਿੰਮੇਵਾਰ ਹੋਣਗੇ।

ਮਹਿੰਗਾਈ ਦਾ ਝਟਕਾ : LPG ਸਿਲੰਡਰ ਦੀਆਂ ਕੀਮਤਾਂ ‘ਚ ਵਾਧਾ

ਨਵੀਂ ਦਿੱਲੀ, 1 ਅਪ੍ਰੈਲ :

ਮਹਿੰਗਾਈ ਦੀ ਮਾਰ ਹੇਠ ਆਈ ਜਨਤਾ ਨੂੰ ਕੇਂਦਰ ਸਰਕਾਰ ਨੇ ਇੱਕ ਹੋਰ ਵੱਡਾ ਝਟਕਾ ਦਿੱਤਾ ਹੈ। ਸਰਕਾਰ ਵੱਲੋਂ ਵਪਾਰਕ ਐਲਪੀਜੀ ਸਿਲੰਡਰਾਂ ਦੀਆਂ ਕੀਮਤਾਂ ਵਿੱਚ 218 ਰੁਪਏ ਦਾ ਭਾਰੀ ਵਾਧਾ ਕੀਤਾ ਗਿਆ ਹੈ। ਅੱਜ ਤੋਂ ਲਾਗੂ ਹੋਈਆਂ ਇਹ ਨਵੀਆਂ ਦਰਾਂ ਹੋਟਲ, ਰੈਸਟੋਰੈਂਟ ਅਤੇ ਹੋਰ ਵਪਾਰਕ ਇਕਾਈਆਂ ਦੇ ਬਜਟ ਨੂੰ ਸਿੱਧਾ ਪ੍ਰਭਾਵਿਤ ਕਰਨਗੀਆਂ। ਹਾਲਾਂਕਿ, ਰਾਹਤ ਦੀ ਗੱਲ ਇਹ ਹੈ ਕਿ ਘਰੇਲੂ ਐਲਪੀਜੀ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਇਸ ਵਾਰ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 7 ਮਾਰਚ ਨੂੰ ਵੀ ਗੈਸ ਦੀਆਂ ਕੀਮਤਾਂ ਵਧਾਈਆਂ ਗਈਆਂ ਸਨ। ਉਸ ਸਮੇਂ ਘਰੇਲੂ ਸਿਲੰਡਰ ₹60 ਅਤੇ ਵਪਾਰਕ ਸਿਲੰਡਰ ₹114.50 ਮਹਿੰਗਾ ਹੋਇਆ ਸੀ। ਇੱਕ ਸਾਲ ਦੇ ਅੰਦਰ ਇਹ ਦੂਜੀ ਵਾਰ ਹੈ ਜਦੋਂ ਕੀਮਤਾਂ ਵਿੱਚ ਇੰਨਾ ਵੱਡਾ ਉਛਾਲ ਦੇਖਣ ਨੂੰ ਮਿਲਿਆ ਹੈ। ਅਪ੍ਰੈਲ 2025 ਵਿੱਚ ਵੀ ਕੀਮਤਾਂ ਵਿੱਚ ₹50 ਦਾ ਵਾਧਾ ਕੀਤਾ ਗਿਆ ਸੀ।

ਭਾਵੇਂ ਘਰੇਲੂ ਗੈਸ ਦੀਆਂ ਕੀਮਤਾਂ ਸਥਿਰ ਹਨ, ਪਰ ਵਪਾਰਕ ਸਿਲੰਡਰ ਮਹਿੰਗਾ ਹੋਣ ਨਾਲ ਆਮ ਆਦਮੀ ਦੀ ਜੇਬ ‘ਤੇ ਅਸਿੱਧਾ ਬੋਝ ਪੈਣਾ ਤੈਅ ਹੈ। ਖਾਣਾ-ਪੀਣਾ ਹੁਣ ਮਹਿੰਗਾ ਹੋਵੇਗਾ। ਹੋਟਲ ਅਤੇ ਰੈਸਟੋਰੈਂਟ ਮਾਲਕ ਆਪਣੀ ਲਾਗਤ ਪੂਰੀ ਕਰਨ ਲਈ ਖਾਣੇ ਦੀਆਂ ਪਲੇਟਾਂ ਦੀਆਂ ਕੀਮਤਾਂ ਵਧਾ ਸਕਦੇ ਹਨ। ਬਾਹਰੋਂ ਖਾਣਾ ਮੰਗਵਾਉਣਾ ਜਾਂ ਰੈਸਟੋਰੈਂਟ ਵਿੱਚ ਖਾਣਾ ਹੁਣ ਪਹਿਲਾਂ ਨਾਲੋਂ ਮਹਿੰਗਾ ਪਵੇਗਾ।ਕੀਮਤਾਂ ਵਧਣ ਦਾ ਮੁੱਖ ਕਾਰਨ ਮਾਹਿਰਾਂ ਅਨੁਸਾਰ, ਅੰਤਰਰਾਸ਼ਟਰੀ ਪੱਧਰ ‘ਤੇ ਈਰਾਨ ਅਤੇ ਅਮਰੀਕਾ ਵਿਚਕਾਰ ਚੱਲ ਰਹੀ ਜੰਗ ਕਾਰਨ ਕੱਚੇ ਤੇਲ ਅਤੇ ਗੈਸ ਦੀਆਂ ਕੀਮਤਾਂ ਵਿੱਚ ਲਗਾਤਾਰ ਉਤਰਾਅ-ਚੜ੍ਹਾਅ ਆ ਰਿਹਾ ਹੈ, ਜਿਸ ਦਾ ਅਸਰ ਭਾਰਤੀ ਬਾਜ਼ਾਰ ‘ਤੇ ਵੀ ਦੇਖਣ ਨੂੰ ਮਿਲ ਰਿਹਾ ਹੈ।

ਪੰਜਾਬ ‘ਚ ਕਈਂ ਥਾਵਾਂ ਉਤੇ ਹੋਏ ਗੜੇਮਾਰੀ, ਫਸਲਾਂ ਦਾ ਹੋਇਆ ਭਾਰੀ ਨੁਕਸਾਨ

ਚੰਡੀਗੜ੍ਹ, 1 ਅਪ੍ਰੈਲ :

ਪੰਜਾਬ ਵਿੱਚ ਵੱਖ ਵੱਖ ਥਾਵਾਂ ਉਤੇ ਤੇਜ਼ ਹਨ੍ਹੇਰੀ, ਮੀਂਹ ਅਤੇ ਗੜ੍ਹੇਮਾਰੀ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਭਾਰੀ ਗੜੇਮਾਰੀ ਕਾਰਨ ਪੱਕੀ ਕਣਕ ਅਤੇ ਸਰ੍ਹੋਂ ਦੀ ਫਸਲ ਨੂੰ ਨੁਕਸਾਨ ਪਹੁੰਚਣ ਦੀਆਂ ਖਬਰਾਂ ਵੀ ਸਾਹਮਣੇ ਆਈਆਂ ਹਨ। ਬਠਿੰਡਾ, ਮਾਨਸਾ, ਫਾਜ਼ਿਲਕਾ, ਮੁਕਤਸਰ, ਹਰਿਆਣਾ ਦੇ ਖੇਤਰ ਅਤੇ ਹੋਰਨਾਂ ਥਾਵਾਂ ਉਤੇ ਭਾਰੀ ਖੜ੍ਹੇਮਾਰੀ ਹੋਈ ਹੈ। ਜਾਣਕਾਰੀ ਅਨੁਤਾਬਕ ਲੰਬੀ ਖੇਤਰ ਵਿਚ ਫਸਲਾਂ ਦਾ ਕਰੀਬ 20 ਤੋਂ 35 ਫੀਸਦੀ ਨੁਕਸਾਨ ਹੋਇਆ ਹੈ।  ਪਿੰਡਾਂ ਵਿੱਚ ਪੱਕੀਆਂ ਫ਼ਸਲਾਂ ਨੂੰ ਤੇਜ਼ ਹਨ੍ਹੇਰੀ ਨੇ ਵਿਛਾ ਦਿੱਤਾ ਹੈ। ਇਸ ਕਾਰਨ ਅਗੇਤੀ ਤੇ ਪਛੇਤੀ ਕਣਕ ਨੂੰ ਵੱਡੀ ਮਾਰ ਪਈ ਹੈ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ : ਅੱਜ ਦਾ ਹੁਕਮਨਾਮਾ

ਮੁੱਖਵਾਕ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ

01-04-2026

ਰਾਗੁ ਧਨਾਸਿਰੀ ਮਹਲਾ ੩ ਘਰੁ ੪

ੴ ਸਤਿਗੁਰ ਪ੍ਰਸਾਦਿ ॥

ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲੑੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥

ਬੁੱਧਵਾਰ, ੧੯ ਚੇਤ (ਸੰਮਤ ੫੫੮ ਨਾਨਕਸ਼ਾਹੀ)

(ਅੰਗ: ੬੬੬)

ਪੰਜਾਬੀ ਵਿਆਖਿਆ

ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ । ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ । ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ ।੧। ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ । ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ ।੧।ਰਹਾਉ।ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ । ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ । ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼ ।੨। ਹੇ ਭਾਈ! ਨਾਨਕ ਆਖਦਾ ਹੈ—ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ । ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ ।੩।੧।੯।

ਬਾਲੀਵੁੱਡ ਅਦਾਕਾਰਾ ਪ੍ਰਿਅੰਕਾ ਚੋਪੜਾ ਨੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ

ਅੰਮ੍ਰਿਤਸਰ, 31 ਮਾਰਚ :

ਰੂਹਾਨੀਅਤ ਦੇ ਕੇਂਦਰ ਸ਼੍ਰੀ ਦਰਬਾਰ ਸਾਹਿਬ ਵਿੱਚ ਰੋਜ਼ਾਨਾ ਦੀ ਤਰ੍ਹਾਂ ਅੱਜ ਵੀ ਲੱਖਾਂ ਦੀ ਗਿਣਤੀ ਵਿੱਚ ਸੰਗਤ ਮੱਥਾ ਟੇਕਣ ਪਹੁੰਚੀ। ਇਸ ਦੌਰਾਨ ਬਾਲੀਵੁੱਡ ਅਦਾਕਾਰਾ ਪ੍ਰਿਅੰਕਾ ਚੋਪੜਾ ਵੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਣ ਲਈ ਪਹੁੰਚੀ। ਪ੍ਰਿਅੰਕਾ ਚੋਪੜਾ ਨੇ ਗੁਰੂ ਘਰ ਵਿੱਚ ਮੱਥਾ ਟੇਕ ਕੇ ਸ਼ਰਧਾ ਨਾਲ ਗੁਰਬਾਣੀ ਕੀਰਤਨ ਸਰਵਣ ਕੀਤਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਉਹਨਾਂ ਦੀ ਆਮਦ ਦੌਰਾਨ ਸੰਗਤ ਵਿੱਚ ਖਾਸ ਉਤਸ਼ਾਹ ਦੇਖਣ ਨੂੰ ਮਿਲਿਆ, ਪਰ ਉਹਨਾਂ ਨੇ ਪੂਰੀ ਨਿਮਰਤਾ ਅਤੇ ਸਾਦਗੀ ਨਾਲ ਦਰਸ਼ਨ ਕੀਤੇ। ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਤੋਂ ਬਾਅਦ ਪ੍ਰਿਅੰਕਾ ਚੋਪੜਾ ਨੇ ਪਰਿਕਰਮਾ ਵਿੱਚ ਜੂਠੇ ਬਰਤਨ ਸਾਫ ਕਰਨ ਦੀ ਸੇਵਾ ਵੀ ਨਿਭਾਈ। ਉਹਨਾਂ ਦੀ ਇਸ ਸੇਵਾ ਨੇ ਸੰਗਤ ਵਿੱਚ ਇੱਕ ਸਕਾਰਾਤਮਕ ਸੰਦੇਸ਼ ਦਿੱਤਾ ਕਿ ਗੁਰੂ ਘਰ ਵਿੱਚ ਹਰ ਕੋਈ ਬਰਾਬਰ ਹੈ ਅਤੇ ਸੇਵਾ ਸਭ ਤੋਂ ਵੱਡੀ ਭਗਤੀ ਮੰਨੀ ਜਾਂਦੀ ਹੈ।
ਸੰਗਤ ਵੱਲੋਂ ਵੀ ਉਹਨਾਂ ਦੀ ਨਿਮਰਤਾ ਦੀ ਕਦਰ ਕੀਤੀ ਗਈ। ਦਰਬਾਰ ਸਾਹਿਬ ਵਰਗੇ ਪਵਿੱਤਰ ਅਸਥਾਨ ‘ਤੇ ਇਸ ਤਰ੍ਹਾਂ ਦੀ ਸੇਵਾ ਕਰਨ ਨਾਲ ਮਨ ਨੂੰ ਆਤਮਿਕ ਸ਼ਾਂਤੀ ਮਿਲਦੀ ਹੈ ਅਤੇ ਮਨੁੱਖਤਾ ਦਾ ਸੱਚਾ ਅਰਥ ਸਮਝ ਆਉਂਦਾ ਹੈ।

ਮੋਹਾਲੀ ਪ੍ਰੈਸ ਕਲੱਬ ਦੀ ਗਵਰਨਿੰਗ ਬਾਡੀ ਭੰਗ, ਚੋਣ 5 ਅਪ੍ਰੈਲ ਨੂੰ

ਮੋਹਾਲੀ, 31 ਮਾਰਚ : 

ਮੋਹਾਲੀ ਪ੍ਰੈਸ ਕਲੱਬ ਦੀ ਅੱਜ ਸਾਲਾਨਾ ਜਨਰਲ ਬਾਡੀ ਮੀਟਿੰਗ ਕਲੱਬ ਦੇ ਪ੍ਰਧਾਨ ਸੁਖਦੇਵ ਸਿੰਘ ਪਟਵਾਰੀ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ 67 ਦੇ ਕਰੀਬ ਰੈਗੂਲਰ ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਇਸ ਮੀਟਿੰਗ ਦੌਰਾਨ ਸਮੂਹ ਹਾਜ਼ਰ ਮੈਂਬਰਾਨ ਨੂੰ ਕਲੱਬ ਦੀਆਂ ਸਾਲਾਨਾ ਗਤੀਵਿਧੀਆਂ ਸਬੰਧੀ ਹਾਊਸ ਨੂੰ ਜਾਣੂੰ ਕਰਵਾਇਆ ਗਿਆ। 

ਇਸ ਮੌਕੇ ਪ੍ਰਧਾਨ ਸੁਖਦੇਵ ਸਿੰਘ ਪਟਵਾਰੀ ਵਲੋਂ ਹਾਊਸ ਦੀ ਸਰਬਸੰਮਤੀ ਨਾਲ ਮੌਜੂਦਾ ਕਾਰਜਕਾਰਨੀ ਭੰਗ ਕਰਕੇ 5 ਅਪ੍ਰੈਲ 2026 ਨੂੰ ਕਲੱਬ ਦੀਆਂ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਗਿਆ। 

ਇਸ ਸਬੰਧੀ ਕਲੱਬ ਦੇ ਕੈਸ਼ੀਅਰ ਰਾਜੀਵ ਤਨੇਜਾ ਵਲੋਂ ਕਲੱਬ ਦੀ 2025-26 ਵਿੱਤੀ ਸਾਲ ਦੇ ਲੇਖੇ-ਜੋਖੇ ਦੀ ਰਿਪੋਰਟ ਪੇਸ਼ ਕੀਤੀ ਗਈ। ਉਪਰੰਤ ਜਨਰਲ ਸਕੱਤਰ ਗੁਰਮੀਤ ਸਿੰਘ ਸ਼ਾਹੀ ਵਲੋਂ ਕਲੱਬ ਦੀਆਂ ਸਾਲਾਨਾ ਗਤੀਵਿਧੀਆਂ ਬਾਰੋੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਉਤੇ ਵਿਚਾਰ ਕਰਦਿਆਂ ਜਨਰਲ ਬਾਡੀ ਨੇ ਦੋਹਾਂ ਰਿਪੋਰਟਾਂ ਨੂੰ ਬਿਨਾਂ ਕਿਸੇ ਸੋਧ ਤੋਂ ਬਿਨਾਂ ਵਿਰੋਧ ਦੇ ਪਾਸ ਕਰ ਦਿੱਤਾ। ਇਸ ਮੌਕੇ ਕਲੱਬ ਦੇ ਪ੍ਰਧਾਨ ਸੁਖਦੇਵ ਸਿੰਘ ਪਟਵਾਰੀ ਨੇ ਮੌਜੂਦਾ ਜਨਰਲ ਬਾਡੀ ਨੂੰ ਭੰਗ ਕਰਨ ਦਾ ਐਲਾਨ ਕੀਤਾ ਅਤੇ ਅਗਲੀ ਗਵਰਨਿੰਗ ਬਾਡੀ ਦੀ ਸਥਾਪਤੀ ਲਈ ਚੋਣ 5 ਅਪ੍ਰੈਲ 2026 ਨੂੰ ਕਰਵਾਉਣ ਦਾ ਮਤਾ ਪਾਸ ਕੀਤਾ ਗਿਆ।

ਇਸ ਮੌਕੇ ਸਰਬਸੰਮਤੀ ਨਾਲ ਹਰਿੰਦਰਪਾਲ ਸਿੰਘ ਹੈਰੀ ਨੂੰ ਮੁੱਖ ਚੋਣ ਕਮਿਸ਼ਨਰ ਅਤੇ ਕੁਲਵਿੰਦਰ ਸਿੰਘ ਬਾਵਾ ਤੇ ਗੁਰਮੀਤ ਸਿੰਘ ਰੰਧਾਵਾ ਨੂੰ ਨਿਰਪੱਖ ਚੋਣਾਂ ਕਰਵਾਉਣ ਲਈ ਚੋਣ ਕਮਿਸ਼ਨਰ ਦੀ ਜ਼ਿੰਮੇਵਾਰੀ ਸੌਂਪੀ ਗਈ।

ਇਸ ਮੌਕੇ ਗਵਰਨਿੰਗ ਬਾਡੀ ਦੇ ਮੈਂਬਰਾਨ ਸੀ. ਮੀਤ ਪ੍ਰਧਾਨ ਸੁਸ਼ੀਲ ਗਰਚਾ, ਮੀਤ ਪ੍ਰਧਾਨ ਮਨਜੀਤ ਸਿੰਘ ਚਾਨਾ ਤੇ ਵਿਜੇ ਪਾਲ, ਜੁਆਇੰਟ ਸਕੱਤਰ ਡਾ. ਰਵਿੰਦਰ ਕੌਰ ਅਤੇ ਵਿਜੇ ਕੁਮਾਰ, ਜਥੇਬੰਦਕ ਸਕੱਤਰ ਨੀਲਮ ਠਾਕੁਰ ਤੋਂ ਇਲਾਵਾ ਮੈਂਬਰਾਨ ਵੈਟਰਨ ਪੱਤਰਕਾਰ ਪਾਲ ਸਿੰਘ ਕੰਸਾਲਾ ਤੇ ਅਮਰਜੀਤ ਸਿੰਘ ਤੋਂ ਇਲਾਵਾ ਕੁਲਵਿੰਦਰ ਸਿੰਘ ਬਾਵਾ, ਅਜਾਇਬ ਔਜਲਾ, ਬਲਜੀਤ ਸਿੰਘ ਮਰਵਾਹਾ, ਗੁਰਪ੍ਰੀਤ ਸਿੰਘ ਨਿਆਮੀਆਂ, ਸੁਖਵਿੰਦਰ ਸਿੰਘ ਮਨੌਲੀ, ਹਰਦੇਵ ਚੌਹਾਨ,  ਰਾਜਿੰਦਰ ਸਿੰਘ ਤੱਗੜ, ਮੰਗਤ ਸਿੰਘ ਸੈਦਪੁਰ, ਅਰੁਣ ਸ਼ਰਮਾ, ਨੇਹਾ ਵਰਮਾ, ਰਣਜੀਤ ਧਾਲੀਵਾਲ, ਗੁਰਨਾਮ ਸਾਗਰ, ਧਰਮਿੰਦਰ ਸਿੰਗਲਾ, ਦਵਿੰਦਰ ਸਿੰਘ, ਅਮਰਦੀਪ ਸੈਣੀ, ਮਲਕੀਤ ਸਿੰਘ ਸੈਣੀ, ਰਾਜੀਵ ਸਚਦੇਵਾ, ਕੁਲਵੰਤ ਕੋਟਲੀ, ਗੌਤਮ ਬਾਂਸਲ, ਪ੍ਰਿਤਪਾਲ ਸਿੰਘ ਸੋਢੀ, ਵਿਨੋਦ ਸ਼ਰਮਾ, ਅਨਿਲ ਕੁਮਾਰ ਗਰਗ, ਸੰਦੀਪ ਬਿੰਦਰਾ, ਰਾਕੇਸ਼ ਹਮਪਾਲ, ਰਿਤਿਸ਼ ਨਾਹਰ, ਰਮੇਸ਼ ਸੱਚਦੇਵਾ, ਡੀ.ਐਨ. ਸਿੰਘ, ਤਰਲੋਚਨ ਸਿੰਘ, ਜਤਿੰਦਰਪਾਲ ਸਿੰਘ, ਰਵਿੰਦਰ ਕੁਮਾਰ, ਅਮਰਪਾਲ ਸਿੰਘ ਨੂਰਪੁਰੀ, ਸਾਗਰ ਪਾਹਵਾ, ਸਮੇਤ ਹੋਰ ਕਲੱਬ ਮੈਂਬਰ ਹਾਜ਼ਰ ਸਨ।

ਪੰਜਾਬ ਸਰਕਾਰ ਵੱਲੋਂ ਅਹਿਮ ਉਦਯੋਗਿਕ ਸੁਧਾਰਾਂ ਦਾ ਐਲਾਨ

ਮੰਤਰੀ ਮੰਡਲ ਨੇ ਫ੍ਰੀਹੋਲਡ ਅਤੇ ਉਦਯੋਗਿਕ ਬੁਨਿਆਦੀ ਢਾਂਚੇ ਦੇ ਪ੍ਰਬੰਧਨ ਲਈ ਲੀਜ਼ਹੋਲਡ ਸਬੰਧੀ ਅਹਿਮ ਸੋਧਾਂ ਨੂੰ ਪ੍ਰਵਾਨਗੀ ਦਿੱਤੀ: ਸੰਜੀਵ ਅਰੋੜਾ

ਚੰਡੀਗੜ੍ਹ, 31 ਮਾਰਚ, 2026 :

ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੀਜ਼ਹੋਲਡ ਉਦਯੋਗਿਕ ਪਲਾਟਾਂ ਅਤੇ ਸ਼ੈੱਡਾਂ ਨੂੰ ਫ੍ਰੀਹੋਲਡ ਵਿੱਚ ਬਦਲਣ ਲਈ ਨੀਤੀ ਵਿੱਚ ਅਹਿਮ ਸੁਧਾਰਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਦੇ ਨਾਲ ਹੀ ਫ੍ਰੀਹੋਲਡ ਪਲਾਟ ਧਾਰਕਾਂ ਲਈ ਅਲਾਟਮੈਂਟ ਤੋਂ ਬਾਅਦ ਦੀਆਂ ਸੇਵਾਵਾਂ ਨੂੰ ਵਿਆਪਕ ਤੌਰ ‘ਤੇ ਤਰਕਸੰਗਤ ਬਣਾਉਣ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਗਈ ਹੈ।

ਉਦਯੋਗਿਕ ਖੇਤਰ ਦੇ ਭਾਈਵਾਲਾਂ ਨਾਲ ਵਿਆਪਕ ਸਲਾਹ-ਮਸ਼ਵਰੇ ਅਤੇ ਸਮੂਹ ਮੰਤਰੀਆਂ ਦੀਆਂ ਸਿਫ਼ਾਰਸ਼ਾਂ ਤੋਂ ਬਾਅਦ ਕੀਤੇ ਗਏ ਇਹ ਸੁਧਾਰ ਕਾਰੋਬਾਰ ਕਰਨ ਦੀ ਆਸਾਨ ਨੂੰ ਹੋਰ ਮਜ਼ਬੂਤ ਕਰਨ ਅਤੇ ਇੱਕ ਪਾਰਦਰਸ਼ੀ, ਨਿਵੇਸ਼ਕ ਪੱਖੀ ਉਦਯੋਗਿਕ ਈਕੋਸਿਸਟਮ ਬਣਾਉਣ ਪ੍ਰਤੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਦੀ ਪੁਸ਼ਟੀ ਕਰਦੇ ਹਨ।

ਮੁੱਖ ਸੁਧਾਰ: ਲੀਜ਼ਹੋਲਡ ਤੋਂ ਫ੍ਰੀਹੋਲਡ ਵਿੱਚ ਤਬਾਦਲਾ

ਮੁੱਖ ਫੈਸਲਿਆਂ ‘ਤੇ ਚਾਨਣਾ ਪਾਉਂਦਿਆਂ ਸੰਜੀਵ ਅਰੋੜਾ ਨੇ ਕਿਹਾ:
ਸਿਰਫ਼ 5 ਫੀਸਦ ਤਬਾਦਲਾ ਫੀਸ ਨਿਰਧਾਰਤ ਕੀਤੀ ਗਈ ਹੈ।
30 ਅਪ੍ਰੈਲ, 2026 ਤੱਕ ਕੀਤੇ ਗਏ ਤਬਾਦਲਿਆਂ ਲਈ ਸਟੈਂਪ ਡਿਊਟੀ ‘ਤੇ 100 ਫੀਸਦ ਛੋਟ।
ਜਿੱਥੇ ਅਣ-ਅਰਜਿਤ ਵਾਧਾ ਧਾਰਾ ਲਾਗੂ ਨਹੀਂ ਹੈ, ਉੱਥੇ ਖਰਚਿਆਂ ਦੀ ਛੋਟ ਰਾਹੀਂ ਮਹੱਤਵਪੂਰਨ ਰਾਹਤ।
ਵਿਸ਼ੇਸ਼ ਮਾਮਲਿਆਂ ਵਿੱਚ, ਵਾਰ-ਵਾਰ ਲੱਗਣ ਵਾਲੀ ਫੀਸ ਲਈ ਇਕੋਂ ਫੀਸ ਲਾਗੂ ਕੀਤੀ ਗਈ ਹੈ।
ਕਈ ਸੇਵਾਵਾਂ ਲਈ ਸਾਲਾਨਾ ਨਵੀਨੀਕਰਨ ਖਰਚੇ ਬੰਦ ਕਰ ਦਿੱਤੇ ਗਏ ਹਨ।

ਤੁਰੰਤ ਤਬਾਦਲੇ ਨੂੰ ਉਤਸ਼ਾਹਿਤ ਕਰਨ ਅਤੇ ਪੁਰਾਣੇ ਮੁੱਦਿਆਂ ਦੇ ਨਿਪਟਾਰੇ ਲਈ:
ਲੰਬਿਤ ਤਬਾਦਲੇ ਅਤੇ ਪਰਿਵਰਤਨ ਸਬੰਧੀ ਮਾਮਲਿਆਂ ਦਾ ਸਮਾਂਬੱਧ ਨਿਪਟਾਰਾ।
ਤੁਰੰਤ ਤਬਾਦਲੇ ਲਈ ਯਕਮੁਸ਼ਤ ਸਟੈਂਪ ਡਿਊਟੀ ਵਿੱਚ ਛੋਟ।

ਕਾਗਜੀ ਕਾਰਵਾਈ ਨੂੰ ਸਰਲ ਬਣਾਉਣਾ:
ਮੌਰਗੇਜ ਲੀਜ਼ ਡੀਡਜ਼ ਦੇ ਮਾਮਲੇ ਵਿੱਚ ਬੈਂਕ ਪੱਤਰ ਹੀ ਕਾਫ਼ੀ ਹੈ
ਅਣਅਰਜਿਤ ਵਾਧੇ ਦੀ ਧਾਰਾ ‘ਤੇ ਸਪੱਸ਼ਟਤਾ

ਚਰਕੋਣੇ ਉਦਯੋਗਿਕ ਮੁੱਦਿਆਂ ਦਾ ਨਿਪਟਾਰਾ ਕਰਦਿਆਂ ਮੰਤਰੀ ਨੇ ਸਪੱਸ਼ਟ ਕੀਤਾ:
ਜਿੱਥੇ ਟਾਈਟਲ ਦਸਤਾਵੇਜ਼ਾਂ ਵਿੱਚ ਧਾਰਾ ਮੌਜੂਦ ਨਹੀਂ ਹੈ, ਉੱਥੇ ਕੋਈ ਅਣ-ਅਰਜਿਤ ਵਾਧਾ ਨਹੀਂ ਲਿਆ ਜਾਵੇਗਾ:
ਪਰਿਵਾਰਕ ਤਬਾਦਲੇ, ਵਿਰਾਸਤ, ਜਾਂ ਮੌਤ ਦੇ ਮਾਮਲਿਆਂ ਵਿੱਚ ਜਿੱਥੇ ਪਲਾਟ ਪਹਿਲਾਂ ਹੀ ਨੋਟੀਫਿਕੇਸ਼ਨ ਤੋਂ ਪਹਿਲਾਂ ਫ੍ਰੀਹੋਲਡ ਵਿੱਚ ਬਦਲ ਗਏ ਹਨ।
ਉਨ੍ਹਾਂ ਅੱਗੇ ਕਿਹਾ, “ਇਸ ਨਾਲ ਵਧੇਰੇ ਸਪੱਸ਼ਟਤਾ ਯਕੀਨੀ ਬਣਾਈ ਗਈ ਹੈ ਅਤੇ ਉਦਯੋਗਪਤੀਆਂ ਨੂੰ ਗੈਰ-ਵਾਜਬ ਵਿੱਤੀ ਦੇਣਦਾਰੀ ਤੋਂ ਬਚਾਇਆ ਗਿਆ ਹੈ।”

ਕਾਰੋਬਾਰ ਕਰਨ ਵਿੱਚ ਅਸਾਨੀ ਸਬੰਧੀ ਮੁੱਖ ਸੁਧਾਰ (ਪੀਐਸਆਈਈਸੀ)
ਇੱਕ ਕ੍ਰਾਂਤੀਕਾਰੀ ਕਦਮ ਵਜੋ:
ਸੇਵਾਵਾਂ ਨੂੰ ਲਾਜ਼ਮੀ ਅਤੇ ਵਿਕਲਪਿਕ ਸ਼੍ਰੇਣੀਆਂ ਵਿੱਚ ਮੁੜ ਵਰਗੀਕ੍ਰਿਤ ਕੀਤਾ ਗਿਆ
18 ਸੇਵਾਵਾਂ ਨੂੰ ਲਾਜ਼ਮੀ ਤੋਂ ਵਿਕਲਪਿਕ ਵਿੱਚ ਤਬਦੀਲ ਕੀਤਾ ਗਿਆ
ਨੋਟਰਾਈਜ਼ਡ ਹਲਫਨਾਮਿਆਂ ਨੂੰ ਸਵੈ-ਘੋਸ਼ਣਾ ਨਾਲ ਬਦਲਿਆ ਗਿਆ
ਪ੍ਰਵਾਨਗੀਆਂ ਵਿੱਚ ਤੇਜ਼ੀ ਲਿਆਉਣ ਲਈ ਅਸਟੇਟ ਅਫਸਰਾਂ ਨੂੰ ਅਧਿਕਾਰ ਸੌਂਪੇ ਗਏ
ਸ੍ਰੀ ਅਰੋੜਾ ਨੇ ਕਿਹਾ, “ਇਸ ਨਾਲ ਪਾਲਣਾ ਸਬੰਧੀ ਬੋਝ ਨੂੰ ਮਹੱਤਵਪੂਰਨ ਤੌਰ ‘ਤੇ ਘੱਟ ਕੀਤਾ ਗਿਆ ਹੈ ਅਤੇ ਫ੍ਰੀਹੋਲਡ ਤਬਾਦਲੇ ਨੂੰ ਉਦਯੋਗਾਂ ਲਈ ਬੇਹੱਦ ਫਾਇਦੇਮੰਦ ਬਣਾਉਂਦਾ ਹੈ।”
ਪੰਜਾਬ ਕਾਮਨ ਇੰਫਰਾਸਟਰੱਕਚਰ (ਰੈਗੂਲੇਸ਼ਨ ਅਤੇ ਮੈਂਟੇਨੈਂਸ) ਅਮੈਂਡਮੈਂਟ ਬਿੱਲ, 2026
ਮੰਤਰੀ ਮੰਡਲ ਨੇ ਉਦਯੋਗਿਕ ਬੁਨਿਆਦੀ ਢਾਂਚੇ ਨੂੰ ਆਧੁਨਿਕ ਬਣਾਉਣ ਲਈ ਇੱਕ ਅਹਿਮ ਸੋਧ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।
ਮੁੱਖ ਨੁਕਤੇ:

  1. ਏਕੀਕ੍ਰਿਤ ਅਤੇ ਪਾਰਦਰਸ਼ੀ ਬੁਨਿਆਦੀ ਢਾਂਚਾ ਪ੍ਰਬੰਧਨ
    ਸਾਰੇ ਉਦਯੋਗਿਕ ਖੇਤਰਾਂ ਦੇ ਸੰਚਾਲਨ ਅਤੇ ਰੱਖ-ਰਖਾਅ ਲਈ ਇਕੋ ਵਿਧੀ
    ਕਵਰ:
    ਉਦਯੋਗਿਕ ਫੋਕਲ ਪੁਆਇੰਟ
    ਉਦਯੋਗਿਕ ਸੰਪਤੀ
    ਉਦਯੋਗਿਕ ਕਲੱਸਟਰ (ਨੋਟੀਫਾਈ ਪਾਰਕਾਂ ਤੋਂ ਬਾਹਰਲੇ ਸਥਾਨਾਂ ਸਮੇਤ)
  2. ਉਦਯੋਗਾਂ ਨੂੰ ਵੱਡੀ ਵਿੱਤੀ ਰਾਹਤ
    ਨਗਰ ਨਿਗਮ ਖੇਤਰਾਂ ਵਿੱਚ ਸਰਵਿਸ ਚਾਰਜਿਜ ਨੂੰ ਜਾਇਦਾਦ ਟੈਕਸ ਵਿੱਚ ਸ਼ਾਮਲ
    ਦੋਹਰੇ ਟੈਕਸ ਨੂੰ ਖਤਮ ਕੀਤਾ
    ਨਿਯਮਾਂ ਨੂੰ ਸਰਲ ਬਣਾਇਆ ਅਤੇ ਵਿੱਤੀ ਬੋਝ ਨੂੰ ਘਟਾਇਆ
  3. ਨਵੀਨਤਾਕਾਰੀ ਸੰਗ੍ਰਹਿ ਵਿਧੀ
    ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ ਵੱਲੋਂ ਸਰਵਿਸ ਚਾਰਜਿਜ ਬਿਜਲੀ ਦੇ ਬਿੱਲਾਂ ਰਾਹੀਂ ਇੱਕਤਰ ਕੀਤੇ ਜਾਣਗੇ।

ਲਾਭ:
ਨਿਯਮਾਂ ਵਿੱਚ ਸੋਧ
ਸਹਿਜ ਅਤੇ ਪਾਰਦਰਸ਼ੀ ਸੰਗ੍ਰਹਿ ਪ੍ਰਣਾਲੀ

  1. ਐਸਪੀਵੀਜ਼ ਰਾਹੀਂ ਉਦਯੋਗ-ਪੱਖੀ ਸ਼ਾਸਨ
    ਵਿਸ਼ੇਸ਼ ਉਦੇਸ਼ ਵਾਹਨ (ਐਸਪੀਵੀਜ਼) ਹੋਣਗੇ:
    ਸੋਸਾਇਟੀਜ਼ ਰਜਿਸਟ੍ਰੇਸ਼ਨ ਐਕਟ, 1860 ਅਧੀਨ ਰਜਿਸਟਰਡ
    ਉਦਯੋਗਿਕ ਹਿੱਸੇਦਾਰਾਂ ਦੀ ਅਗਵਾਈ ਹੇਠ
    ਸ਼ਾਸਨ ਢਾਂਚਾ:
    ਉਦਯੋਗਿਕ ਅਲਾਟੀਆਂ ‘ਚੋਂ 7 ਮੈਂਬਰੀ ਕਾਰਜਕਾਰੀ ਕਮੇਟੀ ਚੁਣੀ ਗਈ
    ਤਾਲਮੇਲ ਅਤੇ ਨਿਗਰਾਨੀ ਲਈ ਸਰਕਾਰੀ ਅਧਿਕਾਰੀ
    ਸਪਸ਼ਟ ਜਵਾਬਦੇਹੀ ਅਤੇ ਪੇਸ਼ੇਵਰ ਪ੍ਰਬੰਧਨ
  2. ਮਜ਼ਬੂਤ ਵਿੱਤੀ ਢਾਂਚਾ
    90 ਫ਼ੀਸਦ ਫੰਡ → ਰੱਖ-ਰਖਾਅ ਲਈ ਐਸਪੀਵੀਜ਼
    10 ਫ਼ੀਸਦ ਫੰਡ → ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਲਈ ਸਮਰੱਥ ਅਥਾਰਟੀ
    ਭਵਿੱਖੀ ਵਿਕਾਸ ਲਈ ਲਾਜ਼ਮੀ ਕਾਰਪਸ ਫੰਡ
    ਕੁਸ਼ਲ ਵਰਤੋਂ ਨੂੰ ਯਕੀਨੀ ਬਣਾਉਣ ਲਈ ਪ੍ਰਸ਼ਾਸਕੀ ਖਰਚਿਆਂ ‘ਤੇ ਸੀਮਾ
  3. ਜਵਾਬਦੇਹੀ ਅਤੇ ਨਿਗਰਾਨੀ
    ਸਰਕਾਰ ਨੂੰ ਇਹ ਅਧਿਕਾਰ ਹੈ:
    ਐਸਪੀਵੀਜ਼ ਦਾ ਆਡਿਟ ਅਤੇ ਨਿਗਰਾਨੀ
    ਜੇਕਰ ਲੋੜ ਹੋਵੇ ਤਾਂ ਕਾਰਗੁਜ਼ਾਰੀ ਨਾ ਕਰਨ ਵਾਲੇ ਐਸਪੀਵੀਜ਼ ਨੂੰ ਰੱਦ ਕਰਨਾ
    ਉਦਯੋਗ ਨੂੰ ਸਸ਼ਕਤ ਬਣਾਉਣਾ ਅਤੇ ਪੰਜਾਬ ਦੇ ਵਿਕਾਸ ਨੂੰ ਮਜ਼ਬੂਤ ਕਰਨਾ

ਸੰਜੀਵ ਅਰੋੜਾ ਨੇ ਅੱਗੇ ਕਿਹਾ ਕਿ ਇਹ ਮਹੱਤਵਪੂਰਨ ਸੁਧਾਰ ਸਾਡੀ ਸਰਕਾਰ ਦੇ ਸਪੱਸ਼ਟ ਦ੍ਰਿਸ਼ਟੀਕੋਣ ਨੂੰ ਦਰਸਾਉਂਦੇ ਹਨ ਜੋ ਉਦਯੋਗਾਂ ਨੂੰ ਸਸ਼ਕਤ ਬਣਾਉਣਾ, ਨਿਯਮਾਂ ਦੇ ਬੋਝ ਨੂੰ ਘਟਾਉਣਾ ਅਤੇ ਇੱਕ ਆਧੁਨਿਕ, ਪਾਰਦਰਸ਼ੀ ਅਤੇ ਸਵੈ-ਨਿਰਭਰ ਉਦਯੋਗਿਕ ਮਾਹੌਲ ਸਿਰਜਣਾ। ਪੰਜਾਬ ਦੇਸ਼ ਵਿੱਚ ਸਭ ਤੋਂ ਵੱਧ ਪ੍ਰਤੀਯੋਗੀ ਅਤੇ ਨਿਵੇਸ਼ਕ-ਪੱਖੀ ਵਾਤਾਵਰਣ ਪ੍ਰਦਾਨ ਕਰਨ ਲਈ ਵਚਨਬੱਧ ਹੈ।

ਮੁੱਖ ਨੁਕਤੇ
ਉਦਯੋਗਪਤੀਆਂ ਲਈ ਵੱਡੀ ਵਿੱਤੀ ਰਾਹਤ
ਲੀਜ਼ਹੋਲਡ ਤੋਂ ਫ੍ਰੀਹੋਲਡ ਵਿੱਚ ਸਰਲ ਤਬਦੀਲੀ
ਘੱਟ ਨਿਯਮ ਅਤੇ ਜਲਦ ਪ੍ਰਵਾਨਗੀਆਂ
ਉਦਯੋਗ-ਪੱਖੀ ਬੁਨਿਆਦੀ ਢਾਂਚਾ ਪ੍ਰਬੰਧਨ
ਕਾਰੋਬਾਰ ਕਰਨ ਦੀ ਸੌਖ ਵੱਲ ਵਿਸ਼ੇਸ਼ ਧਿਆਨ
ਪੰਜਾਬ ਦਾ ਮਤਲਬ ਹੈ ਕਾਰੋਬਾਰ।

ਪੰਜਾਬ ‘ਚ ਮਹਿੰਗਾ ਹੋਇਆ ਸਫ਼ਰ, NHAI ਨੇ ਟੋਲ ਦਰਾਂ ‘ਚ ਕੀਤਾ ਵਾਧਾ

ਚੰਡੀਗੜ੍ਹ, 31 ਮਾਰਚ :

ਪੰਜਾਬ ਵਿੱਚ ਰਾਸ਼ਟਰੀ ਰਾਜਮਾਰਗਾਂ ‘ਤੇ ਸਫਰ ਕਰਨ ਵਾਲੇ ਵਾਹਨ ਚਾਲਕਾਂ ਦੀ ਜੇਬ ‘ਤੇ ਅੱਜ ਤੋਂ ਵਾਧੂ ਬੋਝ ਪੈਣ ਜਾ ਰਿਹਾ ਹੈ। 1 ਅਪ੍ਰੈਲ 2026 ਤੋਂ ਭਾਰਤੀ ਰਾਸ਼ਟਰੀ ਰਾਜਮਾਰਗ ਅਥਾਰਟੀ (NHAI) ਵੱਲੋਂ ਸੋਧੀਆਂ ਗਈਆਂ ਨਵੀਆਂ ਟੋਲ ਦਰਾਂ ਲਾਗੂ ਹੋ ਜਾਣਗੀਆਂ। ਰਾਜ ਦੇ ਲਗਭਗ ਸਾਰੇ ਟੋਲ ਪਲਾਜ਼ਿਆਂ ‘ਤੇ ਫੀਸ ਵਿੱਚ 5 ਰੁਪਏ ਤੋਂ ਲੈ ਕੇ 75 ਰੁਪਏ ਤੱਕ ਦਾ ਵਾਧਾ ਕੀਤਾ ਗਿਆ ਹੈ। NHAI ਵੱਲੋਂ 27 ਮਾਰਚ ਨੂੰ ਜਾਰੀ ਨੋਟੀਫਿਕੇਸ਼ਨ ਦੇ ਆਧਾਰ ‘ਤੇ ਦਰਾਂ ਨੂੰ ਸੋਧਿਆ ਗਿਆ ਹੈ। ਹੁਣ ਲਾਡੋਵਾਲ ਪਲਾਜ਼ਾ ‘ਤੇ ਨਵੇਂ ਰੇਟ ਇਸ ਪ੍ਰਕਾਰ ਹੋਣਗੇ: ਕਾਰ/ਜੀਪ/ਵੈਨ ਦੇ ਸਿੰਗਲ ਸਾਈਡ ਲਈ, ₹220 ਦੀ ਬਜਾਏ ₹225 ਦੇਣੇ ਪੈਣਗੇ। ਜਦੋਂ ਕਿ ਰਾਊਂਡ ਟ੍ਰਿਪ (ਆਉਣ-ਜਾਣ) ਲਈ, ₹335 ਦੀ ਬਜਾਏ ₹340 ਦੇਣੇ ਪੈਣਗੇ। LCV/LGV/ਮਿੰਨੀ ਬੱਸ ਦੇ ਸਿੰਗਲ ਟ੍ਰਿਪ ਲਈ, ਹੁਣ ਇਸ ਦੀ ਕੀਮਤ ₹365 (ਪਹਿਲਾਂ ₹360) ਅਤੇ ਡਬਲ ਟ੍ਰਿਪ ਲਈ ₹550 (ਪਹਿਲਾਂ ₹545) ਹੋਵੇਗੀ। ਮਾਸਿਕ ਪਾਸ ₹340 ਦੀ ਬਜਾਏ ₹350 ਹੋਵੇਗਾ। ਮਾਸਿਕ ਪਾਸ ਵਿੱਚ ਵੀ ₹10 ਦਾ ਥੋੜ੍ਹਾ ਵਾਧਾ ਕੀਤਾ ਗਿਆ ਹੈ।

ਲੰਬੀ ਦੂਰੀ ਦੇ ਵਪਾਰਕ ਵਾਹਨਾਂ ਅਤੇ ਰੋਜ਼ਾਨਾ ਸਫਰ ਕਰਨ ਵਾਲੇ ਯਾਤਰੀਆਂ ਲਈ ਸਾਲਾਨਾ ਪਾਸ ਹੁਣ ਮਹਿੰਗਾ ਹੋ ਗਿਆ ਹੈ। ਪਹਿਲਾਂ ਇਸ ਦੀ ਕੀਮਤ ₹3,000 ਸੀ, ਜੋ ਹੁਣ ਵਧ ਕੇ ₹3,075 ਕਰ ਦਿੱਤੀ ਗਈ ਹੈ। ਯਾਨੀ ਸਾਲਾਨਾ ਖਰਚੇ ‘ਤੇ ਸਿੱਧਾ 75 ਰੁਪਏ ਦਾ ਵਾਧਾ ਹੋਇਆ ਹੈ।

ਹੁਣ, ਅਮਰੀਕਾ ਅਤੇ ਯੂਰਪ ਵਾਂਗ ਪੰਜਾਬ ਵਿੱਚ ਮਹਿਜ਼ 6 ਮਿੰਟਾਂ ਵਿੱਚ ਪੁਲਿਸ ਸਹਾਇਤਾ ਮਿਲੇਗੀ : CM ਭਗਵੰਤ ਸਿੰਘ ਮਾਨ

ਸੰਗਰੂਰ, 31 ਮਾਰਚ : –

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਭਰ ਵਿੱਚ ਜ਼ਮੀਨੀ ਪੱਧਰ ‘ਤੇ ਪੁਲਿਸਿੰਗ ਨੂੰ ਮਜ਼ਬੂਤ ਕਰਨ ਲਈ ਸੰਗਰੂਰ ਵਿੱਚ 508 ਐਮਰਜੈਂਸੀ ਰਿਸਪਾਂਸ ਵਹੀਕਲ (ਈਵੀਆਰ) ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਣ ਅਮਰੀਕਾ ਅਤੇ ਯੂਰਪ ਵਰਗੇ ਵਿਕਸਤ ਦੇਸ਼ਾਂ ਵਾਂਗ ਮਹਿਜ਼ ਛੇ ਮਿੰਟਾਂ ਵਿੱਚ ਪੁਲਿਸ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਉੱਨਤ ਤਕਨਾਲੋਜੀ ਨਾਲ ਲੈਸ ਇਹ ਵਾਹਨ ਡਾਇਲ-112 ਅਧੀਨ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤੇ ਗਏ ਹਨ ਜੋ ਐਮਰਜੈਂਸੀ ਹਾਲਾਤਾਂ ਦੌਰਾਨ ਤੁਰੰਤ ਸਹਾਇਤਾ ਯਕੀਨੀ ਬਣਾਉਣਗੇ। ਇਹ ਤੁਰੰਤ, ਤਕਨਾਲੋਜੀ-ਅਧਾਰਤ ਕਾਨੂੰਨ ਲਾਗੂਕਰਨ ਦੀ ਦਿਸ਼ਾ ਵੱਲ ਇਕ ਅਹਿਮ ਪੁਲਾਂਘ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਚਾਰ ਸਾਲਾਂ ਦੌਰਾਨ ਪੁਲਿਸ ਵਾਹਨਾਂ ਲਈ 327.70 ਕਰੋੜ ਰੁਪਏ ਦਾ ਨਿਵੇਸ਼ ਕੀਤਾ ਗਿਆ ਹੈ ਜਿਸ ਨਾਲ ਨਾ ਸਿਰਫ ਫੋਰਸ ਦੇ ਆਧੁਨਿਕੀਕਰਨ ਨਾਲ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕੀਤਾ ਗਿਆ ਹੈ ਸਗੋਂ ਨਸ਼ਾ ਤਸਕਰਾਂ ‘ਤੇ ਵੀ ਨਕੇਲ ਕਸੀ ਗਈ ਹੈ। ਬਿਹਤਰ ਸੁਰੱਖਿਆ ਨਿਵੇਸ਼ਕਾਂ ਦੇ ਵਿਸ਼ਵਾਸ ਵਿੱਚ ਵੀ ਵਾਧਾ ਕਰਦੀ ਹੈ ਜੋ ਟਾਟਾ ਸਟੀਲ ਵੱਲੋਂ ਪੰਜਾਬ ਵਿੱਚ ਆਪਣਾ ਦੂਜਾ ਸਭ ਤੋਂ ਵੱਡੇ ਪਲਾਂਟ ਸਥਾਪਤ ਕਰਨ ਲਈ ਕੀਤੇ ਜਾ ਰਹੇ ਵੱਡੇ ਨਿਵੇਸ਼ਾਂ ਤੋਂ ਸਪੱਸ਼ਟ ਹੁੰਦਾ ਹੈ।

ਸੰਗਰੂਰ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਕਿਹਾ, “ਪੰਜਾਬ ਵਿੱਚੋਂ ਨਸ਼ਿਆਂ ਦੇ ਖ਼ਤਰੇ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਆਖਰੀ ਵਾਰ ਵਜੋਂ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਲੋਕਾਂ ਦਾ ਸਮਾਜਿਕ ਬਾਈਕਾਟ ਕਰਨਾ ਜ਼ਰੂਰੀ ਹੈ।” ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਪੀੜ੍ਹੀਆਂ ਨੂੰ ਬਰਬਾਦ ਕੀਤਾ ਹੈ ਉਨ੍ਹਾਂ ਨਾਲ ਬਿਲਕੁਲ ਵੀ ਨਰਮੀ ਨਹੀਂ ਵਰਤਣੀ ਚਾਹੀਦੀ। ਉਨ੍ਹਾਂ ਕਿਹਾ, “ਅਜਿਹੇ ਤੱਤਾਂ ਨੂੰ ਸਬਕ ਸਿਖਾਇਆ ਜਾਣਾ ਚਾਹੀਦਾ ਹੈ ਅਤੇ ਇਹਨਾਂ ਦਾ ਸਮਾਜਿਕ ਬਾਈਕਾਟ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢਣ ਲਈ ਅਹਿਮ ਭੂਮਿਕਾ ਨਿਭਾਏਗਾ।”

ਸਰਕਾਰ ਦੀ ਸਖ਼ਤ ਕਾਰਵਾਈ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ, “ਪੰਜਾਬ ਸਰਕਾਰ ਨੇ ਪਹਿਲਾਂ ਹੀ ਨਸ਼ਿਆਂ ਦੇ ਵਪਾਰ ਵਿਰੁੱਧ ਸ਼ਿਕੰਜਾ ਕੱਸ ਦਿੱਤਾ ਹੈ ਅਤੇ ਅਜਿਹੇ ਮਾਮਲਿਆਂ ਵਿੱਚ ਸਜ਼ਾ ਦਰ 87 ਫੀਸਦ ਤੱਕ ਪਹੁੰਚ ਗਈ ਹੈ ਜੋ ਕਿ ਕਿਸੇ ਵੀ ਹੋਰ ਸੂਬੇ ਨਾਲੋਂ ਕਿਤੇ ਵੱਧ ਹੈ।” ਉਨ੍ਹਾਂ ਕਿਹਾ, “ਯੁੱਧ ਨਸ਼ਿਆਂ ਵਿਰੁੱਧ ਪੰਜਾਬ ਵਿੱਚ ਨਸ਼ਿਆਂ ਦੇ ਨੈੱਟਵਰਕ ਵਿਰੁੱਧ ਕੀਤੀ ਗਈ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ ਸਾਬਤ ਹੋ ਰਹੀ ਹੈ ਜਿਸ ਤਹਿਤ ਸਪਲਾਈ ਚੇਨ ਤੋੜ ਕੇ ਅਤੇ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਸੁੱਟ ਕੇ ਇਸ ਗੈਰ-ਕਾਨੂੰਨੀ ਵਪਾਰ ਦੀ ਰੀੜ੍ਹ ਦੀ ਹੱਡੀ ਤੋੜ ਦਿੱਤੀ ਗਈ ਹੈ।”

ਲੋਕ ਲਹਿਰ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, “ਨਸ਼ਿਆਂ ਵਿਰੁੱਧ ਇਸ ਯੁੱਧ ਨੂੰ ਜਨਤਕ ਸਮਰਥਨ ਨਾਲ ਲੋਕ ਲਹਿਰ ਵਿੱਚ ਬਦਲਣ ਲਈ ਇੱਕ ਵਿਆਪਕ ਅਤੇ ਬਹੁ-ਪੱਖੀ ਰਣਨੀਤੀ ਤਿਆਰ ਕੀਤੀ ਗਈ ਹੈ।” ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਉਲਟ, ਮੌਜੂਦਾ ਸਰਕਾਰ ਨੇ ਤਸਕਰਾਂ ਨੂੰ ਸੂਬੇ ਵਿੱਚ ਪੈਰ ਪਸਾਰਨ ਦੀ ਇਜਾਜ਼ਤ ਦੇਣ ਦੀ ਬਜਾਏ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਇਆ ਹੈ। ਉਨ੍ਹਾਂ ਕਿਹਾ, “ਸਾਡੀ ਲੜਾਈ ਪੰਜਾਬ ਦੀ ਨੌਜਵਾਨ ਪੀੜ੍ਹੀ ਦੀ ਰੱਖਿਆ ਲਈ ਹੈ ਅਤੇ ਇਹ ਨਿਰੰਤਰ ਜਾਰੀ ਰਹੇਗੀ।”

‘ਨਸ਼ਾ ਅੱਤਵਾਦ’ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਪੁਲਿਸ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਸਰਗਰਮੀ ਨਾਲ ਮੁਕਾਬਲਾ ਕਰ ਰਹੀ ਹੈ ਅਤੇ ਦੁਸ਼ਮਣ ਤਾਕਤਾਂ ਦਾ ਸਖ਼ਤ ਮੁਕਾਬਲਾ ਕਰਦੇ ਹੋਏ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾ ਰਹੀ ਹੈ।”

ਉਨ੍ਹਾਂ ਪ੍ਰਬੰਧਕੀ ਸੁਧਾਰਾਂ ‘ਤੇ ਚਾਨਣਾ ਪਾਉਂਦਿਆਂ ਕਿਹਾ, “ਪਹਿਲੀ ਵਾਰ ਜ਼ਮੀਨੀ ਪੱਧਰ ਤੱਕ ਪਹੁੰਚ ਅਪਣਾਈ ਗਈ ਹੈ ਜਿਸ ਤਹਿਤ ਹੁਣ ਸਿਰਫ਼ ਸੀਨੀਅਰ ਅਧਿਕਾਰੀਆਂ ਦੀ ਬਜਾਏ ਜ਼ਮੀਨੀ ਪੱਧਰ ‘ਤੇ ਐਸਐਚਓਜ਼ ਨੂੰ ਵਾਹਨ ਪ੍ਰਦਾਨ ਕੀਤੇ ਜਾ ਰਹੇ ਹਨ।”

ਕਾਨੂੰਨ ਵਿਵਸਥਾ ਨੂੰ ਆਰਥਿਕ ਵਿਸ਼ਵਾਸ ਨਾਲ ਜੋੜਦਿਆਂ ਉਨ੍ਹਾਂ ਕਿਹਾ, “ਕਾਨੂੰਨ ਵਿਵਸਥਾ ਦਾ ਮੁਲਾਂਕਣ ਕਰਨ ਦਾ ਸਭ ਤੋਂ ਵਧੀਆ ਮਾਪਦੰਡ ਸੂਬੇ ਵਿੱਚ ਕੀਤਾ ਜਾਣ ਵਾਲਾ ਨਿਵੇਸ਼ ਹੈ ਅਤੇ ਟਾਟਾ ਸਟੀਲ ਵੱਲੋਂ ਪੰਜਾਬ ਵਿੱਚ ਆਪਣਾ ਦੂਜਾ ਸਭ ਤੋਂ ਵੱਡਾ ਪਲਾਂਟ ਸਥਾਪਤ ਕੀਤਾ ਗਿਆ ਜੋ ਸੂਬੇ ਦੀ ਬਿਹਤਰ ਕਾਨੂੰਨ ਵਿਵਸਥਾ ਦਾ ਪ੍ਰਤੱਖ ਪ੍ਰਮਾਣ ਹੈ।” ਉਨ੍ਹਾਂ ਅੱਗੇ ਕਿਹਾ, “ਪੰਜਾਬ ਸਭ ਤੋਂ ਸੁਰੱਖਿਅਤ ਥਾਵਾਂ ਵਿੱਚੋਂ ਇੱਕ ਹੈ ਅਤੇ ਇਸਦਾ ਸਿਹਰਾ ਪੰਜਾਬ ਪੁਲਿਸ ਨੂੰ ਜਾਂਦਾ ਹੈ ਜਿਸਨੇ ਫੋਰਸ ਅਤੇ ਲੋਕਾਂ ਦਰਮਿਆਨ ਪਾੜੇ ਨੂੰ ਪੂਰਿਆ ਹੈ।”

ਸੜਕ ਸੁਰੱਖਿਆ ਵਿੱਚ ਕੀਤੇ ਸੁਧਾਰਾਂ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ, “ਪੰਜਾਬ ਸਰਕਾਰ ਨੇ ਹਾਈਵੇਅ ‘ਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਕੀਮਤੀ ਜਾਨਾਂ ਬਚਾਉਣ ਲਈ ਦੇਸ਼ ਦੀ ਪਹਿਲੀ ਸਮਰਪਿਤ ਸੜਕ ਸੁਰਖੀਆ ਫੋਰਸ ਸ਼ੁਰੂ ਕੀਤੀ ਹੈ।” ਉਨ੍ਹਾਂ ਕਿਹਾ, “1,597 ਸਿਖਲਾਈ ਪ੍ਰਾਪਤ ਕਰਮਚਾਰੀਆਂ ਅਤੇ 144 ਆਧੁਨਿਕ ਵਾਹਨਾਂ ਦੇ ਨਾਲ ਇਸ ਫੋਰਸ ਨੇ ਆਪਣੀ ਸ਼ੁਰੂਆਤ ਤੋਂ ਬਾਅਦ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਵਿੱਚ 48 ਫੀਸਦ ਦੀ ਕਮੀ ਲਿਆਂਦੀ ਹੈ।” ਉਨ੍ਹਾਂ ਕਿਹਾ, “4,200 ਕਿਲੋਮੀਟਰ ਦੁਰਘਟਨਾ-ਪ੍ਰਭਾਵਿਤ ਹਾਈਵੇਅ ‘ਤੇ ਤਾਇਨਾਤ, ਇਹ ਫੋਰਸ ਨਾ ਸਿਰਫ਼ ਗਸ਼ਤ ਕਰਦੀ ਹੈ ਬਲਕਿ ਉਲੰਘਣਾਵਾਂ ਵਿਰੁੱਧ ਰੋਕਥਾਮ ਵਜੋਂ ਵੀ ਕੰਮ ਕਰਦੀ ਹੈ। ਇਸ ਪਹਿਲ ਦੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਵੀ ਸ਼ਲਾਘਾ ਕੀਤੀ ਹੈ।”

ਪੁਲਿਸ ਦੇ ਆਧੁਨਿਕੀਕਰਨ ਬਾਰੇ ਗੱਲ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ, ਐਮਰਜੈਂਸੀ ਰਿਸਪਾਂਸ ਵਾਹਨ ਪਹਿਲਕਦਮੀ ਤਹਿਤ 508 ਨਵੀਆਂ ਬੋਲੇਰੋ ਗੱਡੀਆਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਜਾ ਰਿਹਾ ਹੈ ਅਤੇ ਡਾਇਲ-112 ਤਹਿਤ ਜਨਤਕ ਸੇਵਾ ਲਈ ਸਮਰਪਿਤ ਹਨ।” ਉਨ੍ਹਾਂ ਕਿਹਾ, “ਇਹ ਵਾਹਨ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤੇ ਜਾਣਗੇ ਜੋ ਨਾਗਰਿਕਾਂ ਨੂੰ ਤੁਰੰਤ ਸਹਾਇਤਾ ਯਕੀਨੀ ਬਣਾਉਣਗੇ।”

ਉਨ੍ਹਾਂ ਅੱਗੇ ਕਿਹਾ ਕਿ ਇਸ ਨਾਲ ਡਾਇਲ-112 ਫਲੀਟ ਵਿੱਚ ਵਾਹਨਾਂ ਦੀ ਗਿਣਤੀ ਵਧ ਕੇ 764 ਹੋ ਗਈ ਹਨ, ਜੋ ਸਾਰੇ ਜੀਪੀਐਸ ਟਰੈਕਰਸ, ਡੈਸ਼ ਕੈਮਰੇ ਅਤੇ ਮੋਬਾਈਲ ਡਾਟਾ ਸਿਸਟਮ ਸਮੇਤ ਅਤਿ-ਆਧੁਨਿਕ ਤਕਨਾਲੋਜੀਆਂ ਨਾਲ ਲੈਸ ਹਨ। ਬਿਹਤਰ ਕੁਸ਼ਲਤਾ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਡਾਇਲ-112 ‘ਤੇ ਰੋਜ਼ਾਨਾ 15,000 ਕਾਲਾਂ ਪ੍ਰਾਪਤ ਹੁੰਦੀਆਂ ਹਨ, ਜਿਨ੍ਹਾਂ ਵਿੱਚੋਂ ਲਗਭਗ 1,500 ਕਾਲਾਂ ਲਈ ਸਹਾਇਤਾ ਵਜੋਂ ਤੁਰੰਤ ਵਾਹਨ ਭੇਜੇ ਜਾਂਦੇ ਹਨ ਅਤੇ ਪ੍ਰਕਿਰਿਆ ਸਮਾਂ 30-45 ਮਿੰਟਾਂ ਤੋਂ ਘਟਾ ਕੇ ਸਿਰਫ਼ 13-14 ਮਿੰਟ ਰਹਿ ਗਿਆ ਹੈ।

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੁਲਿਸ ਭਲਾਈ ਲਈ ਬਹੁਤ ਘੱਟ ਫੰਡ ਅਲਾਟ ਕੀਤੇ ਸਨ ਜਦੋਂ ਕਿ ਮੌਜੂਦਾ ਸਰਕਾਰ ਨੇ ਸਿਰਫ਼ ਚਾਰ ਸਾਲਾਂ ਵਿੱਚ 327.69 ਕਰੋੜ ਰੁਪਏ ਦਾ ਨਿਵੇਸ਼ ਕਰਕੇ ਸਾਲ 2022 ਤੋਂ ਹੁਣ ਤੱਕ 2,904 ਨਵੇਂ ਵਾਹਨ ਖਰੀਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਮੌਜੂਦਾ ਸਮੇਂ ਪੰਜਾਬ ਦੇ ਹਰ ਪੁਲਿਸ ਸਟੇਸ਼ਨ ਕੋਲ ਘੱਟੋ-ਘੱਟ ਇੱਕ ਨਵਾਂ ਵਾਹਨ ਹੈ।

ਵਿਸ਼ੇਸ਼ ਯੂਨਿਟਾਂ ਨੂੰ ਹੋਰ ਮਜ਼ਬੂਤ ਕਰਨ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਏਐਨਟੀਐਫ ਲਈ 22 ਮਹਿੰਦਰਾ ਸਕਾਰਪੀਓ ਵਾਹਨ ਖਰੀਦਣ ਦੇ ਨਾਲ- ਨਾਲ ਗਤੀਸ਼ੀਲਤਾ ਅਤੇ ਔਰਤਾਂ ਦੀ ਸੁਰੱਖਿਆ ਲਈ ਇਲੈਕਟ੍ਰਿਕ ਸਕੂਟਰ ਵੀ ਖਰੀਦੇ ਗਏ ਹਨ। ਉਨ੍ਹਾਂ ਅੱਗੇ ਐਲਾਨ ਕੀਤਾ ਕਿ ਸਾਲ 2026-27 ਵਿੱਚ ਹੋਰ ਵਾਹਨ ਖਰੀਦ ਲਈ 11.45 ਕਰੋੜ ਰੁਪਏ ਵੀ ਅਲਾਟ ਕੀਤੇ ਗਏ ਹਨ।

ਪੰਜਾਬ ਵਿੱਚ ਸੁਰੱਖਿਆ ਬਾਰੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਅੱਤਵਾਦ ਦੇ ਔਖੇ ਪੜਾਵਾਂ ਵਿੱਚੋਂ ਲੰਘਿਆ ਹੈ, ਪਰ ਪੁਲਿਸ ਕਰਮਚਾਰੀਆਂ ਨੇ ਆਪਣੀਆਂ ਕੁਰਬਾਨੀਆਂ ਦੇ ਕੇ ਸੂਬੇ ਵਿੱਚ ਸ਼ਾਂਤੀ ਬਹਾਲ ਕਰਨ ਵਿੱਚ ਆਪਣਾ ਅਹਿਮ ਯੋਗਦਾਨ ਪਾਇਆ ਅਤੇ ਅੱਜ ਸੂਬੇ ਨੂੰ ਇਸ ਦੀ ਸ਼ਾਂਤੀ ਲਈ ਜਾਣਿਆ ਜਾਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਹੱਦੀ ਰਾਜ ਵਜੋਂ ਦਰਪੇਸ਼ ਚੁਣੌਤੀਆਂ ਦੇ ਬਾਵਜੂਦ, ਪੰਜਾਬ ਪੁਲਿਸ ਪੂਰੀ ਵਚਨਬੱਧਤਾ ਨਾਲ ਆਪਣੀ ਡਿਊਟੀ ਨਿਭਾ ਰਹੀ ਹੈ।

ਭਵਿੱਖ ਦੇ ਸੁਧਾਰਾਂ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਜਲਦ ਹੀ ਪੰਜਾਬ ਪੁਲਿਸ ਦੀ ਕੁਸ਼ਲਤਾ ਵਧਾਉਣ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਕਰੇਗੀ, ਜੋ ਸੂਬੇ ਨੂੰ ਦੇਸ਼ ਵਿੱਚ ਇੱਕ ਮੋਹਰੀ ਫੋਰਸ ਬਣਾਏਗਾ ਅਤੇ ਵਿਗਿਆਨਕ ਤਰੀਕਿਆਂ ਰਾਹੀਂ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰੇਗਾ।

ਮੁੱਖ ਮੰਤਰੀ ਨੇ ਕਿਸਾਨ ਭਲਾਈ ਬਾਰੇ ਗੱਲ ਕਰਦਿਆਂ ਕਿਹਾ ਕਿ ਸਰਕਾਰ ਖੇਤੀਬਾੜੀ ਵਾਲੀ ਜ਼ਮੀਨ ਵਿੱਚੋਂ ਲੰਘਦੀਆਂ ਹਾਈ-ਟੈਂਸ਼ਨ ਤਾਰਾਂ ਨੂੰ ਜ਼ਮੀਨਦੋਜ਼ ਕਰਨ ਦੀ ਸੰਭਾਵਨਾ ਦੀ ਪੜਚੋਲ ਕਰ ਰਹੀ ਹੈ, ਜਿਸ ਨਾਲ ਕਿਸਾਨਾਂ ਅਤੇ ਉਨ੍ਹਾਂ ਦੀਆਂ ਫਸਲਾਂ ਲਈ ਜੋਖਮ ਘੱਟ ਜਾਣਗੇ।”

ਭਰਤੀ ਬਾਰੇ ਉਨ੍ਹਾਂ ਕਿਹਾ ਕਿ ਸਾਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ ਪੁਲਿਸ ਵਿੱਚ 12,197 ਭਰਤੀਆਂ ਕੀਤੀਆਂ ਗਈਆਂ ਹਨ ਅਤੇ ਹੋਰ ਭਰਤੀ ਪ੍ਰਕਿਰਿਆਵਾਂ ਚੱਲ ਰਹੀਆਂ ਹਨ, ਜਿਸ ਸਬੰਧੀ ਮਾਰਚ 2026 ਵਿੱਚ 1,746 ਕਾਂਸਟੇਬਲ ਅਤੇ 3,298 ਨਵੇਂ ਅਹੁਦੇ ਸ਼ਾਮਲ ਕਰਨ ਲਈ ਇਸ਼ਤਿਹਾਰ ਜਾਰੀ ਕੀਤਾ ਜਾ ਚੁੱਕਾ ਹੈ।

ਪਾਰਦਰਸ਼ੀ ਸ਼ਾਸਨ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਵੱਲੋਂ ਦਿੱਤੇ ਟੈਕਸ ਦੇ ਪੈਸੇ ਨੂੰ ਵਿਕਾਸ ਕਾਰਜਾਂ ‘ਤੇ ਪੂਰੀ ਸਮਝਦਾਰੀ ਨਾਲ ਖਰਚ ਕੀਤਾ ਜਾ ਰਿਹਾ ਹੈ ਅਤੇ ਸੂਬਾ ਵਾਸੀਆਂ ਲਈ ਸਿੱਖਿਆ, ਸਿਹਤ ਸੰਭਾਲ, ਬੁਨਿਆਦੀ ਢਾਂਚੇ ਅਤੇ ਭਲਾਈ ਸਕੀਮਾਂ ਵਿੱਚ ਲਾਭ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ 90 ਫ਼ੀਸਦ ਘਰਾਂ ਨੂੰ ਮੁਫ਼ਤ ਬਿਜਲੀ, ਭ੍ਰਿਸ਼ਟਾਚਾਰ ਤੋਂ ਬਿਨਾਂ 65,000 ਤੋਂ ਵੱਧ ਸਰਕਾਰੀ ਨੌਕਰੀਆਂ, ਬਿਹਤਰ ਸੜਕਾਂ ਅਤੇ ਟੋਲ ਪਲਾਜ਼ਾ ਬੰਦ ਕਰਕੇ ਰੋਜ਼ਾਨਾ 70 ਲੱਖ ਰੁਪਏ ਦੀ ਬੱਚਤ ਇਮਾਨਦਾਰ ਸ਼ਾਸਨ ਪ੍ਰਤੀ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਉਨ੍ਹਾਂ ਕਿਹਾ ਕਿ ਦੂਜੀਆਂ ਸਿਆਸੀ ਪਾਰਟੀਆਂ ਸਿਰਫ਼ ਸੱਤਾ ਹਥਿਆਉਣ ‘ਤੇ ਧਿਆਨ ਦਿੰਦੀਆਂ ਹਨ, ਉੱਥੇ ਹੀ ਸਾਡੀ ਸਰਕਾਰ ਸਿੱਖਿਆ, ਸਿਹਤ, ਬਿਜਲੀ ਅਤੇ ਖੇਤੀਬਾੜੀ ਖੇਤਰ ‘ਤੇ ਵਿਸ਼ੇਸ਼ ਧਿਆਨ ਦੇ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਲੋਕਾਂ ਨੇ ਮੌਕਾਪ੍ਰਸਤ ਰਾਜਨੀਤੀ ਨੂੰ ਛੱਡ ਕੇ ਇੱਕ ਅਜਿਹੀ ਸਰਕਾਰ ਚੁਣੀ ਹੈ ਜੋ ਉਨ੍ਹਾਂ ਲਈ ਕੰਮ ਕਰਦੀ ਹੈ।

ਵਿਰੋਧੀ ਲੀਡਰਸ਼ਿਪ ‘ਤੇ ਨਿਸ਼ਾਨਾ ਸਾਧਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੁਝ ਆਗੂ ਲੋਕਾਂ ਨੂੰ ਜੁਮਲਿਆਂ ਵਿੱਚ ਫਸਾ ਕੇ ਸੱਤਾ ਵਿੱਚ ਵਾਪਸ ਆਉਣ ਦੇ ਸੁਪਨੇ ਦੇਖ ਰਹੇ ਹਨ, ਪਰ ਲੋਕ ਉਨ੍ਹਾਂ ਦੇ ਟਰੈਕ ਰਿਕਾਰਡ ਤੋਂ ਪੂਰੀ ਤਰ੍ਹਾਂ ਜਾਣੂ ਹਨ। ਉਨ੍ਹਾਂ ਅੱਗੇ ਕਿਹਾ ਕਿ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੇ ਵੀ ਕਦੇ ਸੁਖਬੀਰ ਸਿੰਘ ਬਾਦਲ ਨੂੰ ਸਮੁੱਚੀ ਲੀਡਰਸ਼ਿਪ ਦੀਆਂ ਜ਼ਿੰਮੇਵਾਰੀਆਂ ਨਹੀਂ ਸੌਂਪੀਆਂ ਸਨ।

ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਬਰਿੰਦਰ ਗੋਇਲ ਦੇ ਨਾਲ ਡੀ.ਜੀ.ਪੀ. ਜਨਰਲ ਗੌਰਵ ਯਾਦਵ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।

ਪੰਜਾਬ

ਦੇਸ਼