Breaking News
ਸੂਬੇ ਦੀਆਂ ਮੰਡੀਆਂ ‘ਚ ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਸਮੱਸਿਆ : ਹਰਚੰਦ ਸਿੰਘ ਬਰਸਟ

ਐਸ.ਏ.ਐਸ. ਨਗਰ (ਮੋਹਾਲੀ) 1 ਅਪ੍ਰੈਲ 2026 :

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਹਾੜੀ ਸੀਜਨ 2026-27 ਦੌਰਾਨ ਕਣਕ ਦੀ ਖਰੀਦ ਅਤੇ ਵੇਚ ਲਈ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਨਾ ਆਉਣ ਦੀ ਗੱਲ ਤੇ ਜੋਰ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਭਰ ਦੀਆਂ ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ, ਮਜਦੂਰਾਂ ਦੀ ਸਹੂਲਤਾਂ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਹਾੜੀ ਸੀਜਨ 2026-27 ਦੀ ਸ਼ੁਰੂਆਤ 1 ਅਪ੍ਰੈਲ ਤੋਂ ਹੋ ਗਈ ਹੈ। ਇਸਦੇ ਲਈ ਮੰਡੀਆਂ ਅਤੇ ਖਰੀਦ ਕੇਂਦਰਾਂ ਵਿੱਚ ਸਾਫ਼-ਸਫਾਈ, ਬਿਜਲੀ, ਪੀਣ ਯੋਗ ਪਾਣੀ, ਬਾਥਰੂਮਾਂ, ਛਾਂ ਆਦਿ ਦੇ ਪੁਖਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ।

            ਉਨ੍ਹਾਂ ਦੱਸਿਆ ਕਿ ਪੰਜਾਬ ਮੰਡੀ ਬੋਰਡ ਵੱਲੋਂ ਕਣਕ ਦੀ ਸਰਕਾਰੀ ਖਰੀਦ ਕਰਵਾਉਣ ਲਈ ਕੁੱਲ 1896 ਮੰਡੀਆਂ ਨੋਟੀਫਾਈ ਕੀਤੀਆਂ ਗਈਆਂ ਹਨ। ਇਸਦੇ ਨਾਲ ਹੀ ਸੀਜਨ ਦੌਰਾਨ ਫਸਲ ਦੀ ਆਮਦ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ ਆਰਜੀ ਖਰੀਦ ਕੇਂਦਰ ਘੋਸ਼ਿਤ ਕਰਨ ਦੀ ਪ੍ਰਕਿਰਿਆ ਵੀ ਚੱਲ ਰਹੀ ਹੈ, ਜਿਸਦੇ ਤਹਿਤ ਹੁਣ ਤੱਕ 266 ਆਰਜੀ ਮੰਡੀਆਂ ਘੋਸ਼ਿਤ ਕੀਤੀਆਂ ਜਾ ਚੁੱਕੀਆਂ ਹਨ। ਚੇਅਰਮੈਨ ਨੇ ਦੱਸਿਆ ਕਿ ਕਣਕ ਦੀ ਖਰੀਦ ਵਾਸਤੇ ਸੂਬੇ ਨੂੰ ਅਪ੍ਰੈਲ ਮਹੀਨੇ ਲਈ 30,973 ਕਰੋੜ ਰੁਪਏ ਦੀ ਕੈਸ਼ ਕਰੈਡਿਟ ਲਿਮਟ (ਸੀ.ਸੀ.ਐਲ.) ਪ੍ਰਾਪਤ ਹੋਈ ਹੈ। ਸਾਲ 2026-27 ਦੌਰਾਨ ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ 2585 ਰੁਪਏ ਪ੍ਰਤੀ ਕੁਇੰਟਲ ਘੋਸ਼ਿਤ ਕੀਤਾ ਗਿਆ ਹੈ, ਜੋ ਕਿ ਪਿਛਲੇ ਸਾਲ ਨਾਲੋਂ 160 ਰੁਪਏ ਵੱਧ ਹੈ। ਪਿਛਲੇ ਹਾੜੀ ਸੀਜਨ ਵਿੱਚ ਇਹ 2425 ਰੁਪਏ ਪ੍ਰਤੀ ਕੁਇੰਟਲ ਸੀ।

ਉਨ੍ਹਾਂ ਦੱਸਿਆ ਕਿ ਸੀਜਨ ਦੌਰਾਨ ਕਿਸਾਨਾਂ ਦੀ ਸਹੂਲਤ ਲਈ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ। ਕੰਟਰੋਲ ਰੂਮ ਦੇ ਟੈਲੀਫੋਨ ਨੰ. 0172-5101649 ਅਤੇ 0172-5101704 ਤੇ ਸੰਪਰਕ ਕੀਤਾ ਜਾ ਸਕਦਾ ਹੈ, ਤਾਂ ਕਿ ਸਮੱਸਿਆ ਦਾ ਤੁਰੰਤ ਨਿਪਟਾਰਾ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਸੀਜਨ ਦੌਰਾਨ ਉੱਚ ਅਧਿਕਾਰੀਆਂ ਵੱਲੋਂ ਮੰਡੀਆਂ ਵਿੱਚ ਜਾ ਕੇ ਚੈਕਿੰਗ ਕੀਤੀ ਜਾਵੇਗੀ। ਉਨ੍ਹਾਂ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕਿਹਾ ਕਿ ਉਹ ਪੂਰੀ ਤਨਦੇਹੀ ਨਾਲ ਕਣਕ ਦੇ ਖਰੀਦ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ, ਤਾਂ ਜੋ ਕਿਸਾਨ ਬਿਨਾਂ ਕਿਸੇ ਔਕੜ ਤੋਂ ਖੁਸ਼ੀ – ਖੁਸ਼ੀ ਆਪਣੀ ਫਸਲ ਨੂੰ ਵੇਚ ਕੇ ਘਰ ਜਾ ਸਕਣ। 

ਸ. ਬਰਸਟ ਨੇ ਆੜ੍ਹਤੀ ਅਤੇ ਮਜ਼ਦੂਰ ਭਾਈਚਾਰੇ ਨੂੰ ਅਪੀਲ ਕੀਤੀ ਹੈ ਕਿ ਉਹ ਮੰਡੀਆਂ ਵਿੱਚ ਫ਼ਸਲ ਦੀ ਖ਼ਰੀਦ-ਫ਼ਰੋਖਤ ਦੌਰਾਨ ਕਿਸਾਨਾਂ ਦੀ ਸੇਵਾ ਲਈ ਅੱਗੇ ਆਉਣ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪਹਿਲਾਂ ਵੀ ਆੜ੍ਹਤੀ, ਮਜ਼ਦੂਰ ਅਤੇ ਕਰਮਚਾਰੀ ਮਿਲ ਕੇ ਕਿਸਾਨਾਂ ਦਾ ਸਾਥ ਦਿੰਦੇ ਰਹੇ ਹਨ, ਉਸੇ ਤਰ੍ਹਾਂ ਇਸ ਵਾਰ ਵੀ ਕਿਸਾਨਾਂ ਦੀ ਪੂਰੀ ਮਦਦ ਕੀਤੀ ਜਾਵੇ ਤਾਂ ਜੋ ਉਹਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

ਨੌਜਵਾਨ ਭਾਰਤ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ‘ਬੇਗਮਪੁਰਾ’ ਸੰਕਲਪ ਵਾਲਾ ਦੇਸ਼ ਬਣਾਉਣ ਲਈ ਅੱਗੇ ਆਉਣ : ਮਨੀਸ਼ ਸਿਸੋਦੀਆ

ਪਟਿਆਲਾ, 1 ਅਪ੍ਰੈਲ:
ਸ੍ਰੀ ਗੁਰੂ ਰਵਿਦਾਸ ਜੀ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਵੱਡੀ ਪੱਧਰ ‘ਤੇ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਉਲੀਕੇ ਪ੍ਰੋਗਰਾਮਾਂ ਦੀ ਲੜੀ ਤਹਿਤ ਅੱਜ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਸਮਾਜਿਕ ਸਮਾਨਤਾ ਦੇ ਦਿੱਤੇ ਸੰਕਲਪ ਉਪਰ ਸੰਤ ਸਮਾਜ ਦੀ ਅਗਵਾਈ ਹੇਠ ਵਿਚਾਰ ਚਰਚਾ ਕਰਨ ਦੀ ਸ਼ੁਰੂਆਤ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਕੀਤੀ ਗਈ।
ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਭਾਰਤ ਨੂੰ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਬੇਗਮਪੁਰਾ ਦੇ ਦਿੱਤੇ ਸੰਕਲਪ ਦਾ ਦੇਸ਼ ਬਣਾਉਣ ਲਈ ਅੱਗੇ ਆਉਣ।
ਸ੍ਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਇਹ ਵੱਡਾ ਸਵਾਲ ਹੈ ਕਿ ਅੱਜ ਵੀ ਸਾਡਾ ਦੇਸ਼ ਸ੍ਰੀ ਗੁਰੁ ਰਵਿਦਾਸ ਜੀ ਵੱਲੋਂ 650 ਸਾਲ ਪਹਿਲਾਂ ਦਿੱਤੇ ਸਮਾਨਤਾ ਤੇ ਸਭ ਨੂੰ ਬਰਾਬਰ ਅਵਸਰ ਪ੍ਰਦਾਨ ਕਰਨ ਦੇ ਸਿਧਾਂਤਾਂ ਵਾਲਾ ਦੇਸ਼ ਕਿਉਂ ਨਹੀਂ ਬਣ ਸਕਿਆ ਭਾਵੇਂ ਕਿ ਡਾ. ਬੀ.ਆਰ. ਅੰਬੇਡਕਰ ਨੇ ਸੰਵਿਧਾਨ ਰਾਹੀਂ ਇਸ ਸੋਚ ਨੂੰ ਅੱਗੇ ਵਧਾਇਆ ਸੀ ਪਰੰਤੂ ਅਜੇ ਵੀ ਅਜੇ ਬਹੁਤ ਤਲਖ਼ ਸਚਾਈਆਂ ਹਨ, ਜਿਨ੍ਹਾਂ ਕਰਕੇ ਅਸੀਂ ਗੁਰੂ ਮਹਾਰਾਜ ਦੇ ਸੰਕਲਪ ਤੋਂ ਕੋਹਾਂ ਦੂਰ ਹਾਂ। ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਕਿ ਇਹ ਅਸਮਾਨਤਾ ਤੇ ਨਾ ਬਰਾਬਰੀ ਮਿਟਾਉਣ ਲਈ ਸਾਡੇ ਦੇਸ਼ ਦੇ ਸੰਵਿਧਾਨ ਨੂੰ ਠੀਕ ਤਰ੍ਹਾਂ ਲਾਗੂ ਕੀਤਾ ਜਾਵੇ।
ਮਨੀਸ਼ ਸਿਸੋਦੀਆ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਸੰਦੇਸ਼ ਨੂੰ ਦੁਨੀਆਂ ਭਰ ‘ਚ ਫੈਲਾਉਣ ਲਈ ਚੁੱਕੇ ਜਾ ਰਹੇ ਕਦਮਾਂ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਪੰਜਾਬ ਸਰਕਾਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਸਮਾਗਮ ਤੇ ਵਿਚਾਰ ਚਰਚਾਵਾਂ ਨੌਜਵਾਨ ਵਿਦਿਆਰਥੀਆਂ ਦੇ ਮਨਾਂ ਅੰਦਰ ਸਮਾਜ ਵਿੱਚ ਵਿੱਤੀ ਨਾ ਬਰਾਬਰੀ, ਫਰਕ ਤੇ ਅਸਮਾਨਤਾ ਬਾਰੇ ਪੈਦਾ ਹੋ ਰਹੇ ਸਵਾਲਾਂ ਦੇ ਜਵਾਬ ਦੇਣਗੀਆਂ।
ਸ੍ਰੀ ਸਿਸੋਦੀਆ ਨੇ ਦੇਸ਼ ਦੀ ਸਿੱਖਿਆ ਪ੍ਰਣਾਲੀ ‘ਚ ਨਾ ਬਰਾਬਰੀ ਤੇ ਪੱਖਪਾਤ ਬਾਰੇ 3 ਸਾਲ ਤੋਂ 33 ਸਾਲ ਤੱਕ ਦੇ ਬੱਚਿਆਂ ਦੇ ਅੰਕੜੇ ਪੇਸ਼ ਕਰਦਿਆਂ ਅਫ਼ਸੋਸ ਜਤਾਇਆ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਵੱਲੋਂ ਜਿਹੜੀ ਨਾਬਰਾਬਰੀ ਤੇ ਭੇਦਭਾਵ ਖ਼ਤਮ ਕਰਨ ਦਾ ਸੱਦਾ 650 ਸਾਲ ਪਹਿਲਾਂ ਦਿੱਤਾ ਸੀ, ਉਸ ਦੀਆਂ ਜੜ੍ਹਾਂ ਅੱਜ ਵੀ ਸਾਡੇ ਸਮਾਜ ‘ਚ ਡੂੰਘੀਆਂ ਫੈਲੀਆਂ ਹੋਈਆਂ ਹਨ।
ਉਨ੍ਹਾਂ ਕਿਹਾ ਕਿ 140 ਕਰੋੜ ਭਾਰਤੀਆਂ ਦੇ ਸਾਡੇ ਮੁਲਕ ‘ਚ ਕੇਵਲ 1 ਫੀਸਦੀ ਲੋਕਾਂ ਕੋਲ ਦੇਸ਼ ਦਾ 40 ਫ਼ੀਸਦੀ ਸਰਮਾਇਆ ਹੈ ਅਤੇ 50 ਫੀਸਦੀ ਲੋਕਾਂ ਕੋਲ ਕੇਵਲ 6 ਫ਼ੀਸਦੀ ਸੰਪਤੀ ਹੈ, ਜੋਕਿ ਸਵਾਲ ਪੈਦਾ ਕਰਦਾ ਹੈ ਕਿ ਕੀ ਭਾਰਤ ਸਮਾਨਤਾ ਦਾ ਭਾਰਤ ਬਣ ਰਿਹਾ ਹੈ? ਉਨ੍ਹਾਂ ਕਿਹਾ ਕਿ ਅਸਲ ਬਰਾਬਰੀ ਉਦੋਂ ਆਵੇਗੀ, ਜਦੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਸਿਧਾਂਤ ਵਾਲਾ ਦੇਸ਼ ਬਣੇਗਾ ਤੇ ਲੋਕ ਗ਼ਮਾਂ ਤੋਂ ਦੂਰ ਹੋਣਗੇ।
ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਪੰਜਾਬ ਦੇ ਵਿੱਤ, ਯੋਜਨਾ, ਕਰ ਤੇ ਆਬਕਾਰੀ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੇ ਬਰਾਬਰਤਾ ਦੇ ਸਿਧਾਂਤਾਂ ਅਨੁਸਾਰ ਚੱਲ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਖੁਰਾਲਗੜ੍ਹ ਵਿਖੇ ਸ੍ਰੀ ਗੁਰੂ ਰਵਿਦਾਸ ਯਾਦਗਾਰ ਦਾ ਵਿਸਥਾਰ ਦਾ ਕਾਰਜ ਕੀਤਾ ਜਾ ਰਿਹਾ ਹੈ ਉਥੇ ਹੀ ਫਰੀਦਪੁਰ ਵਿਖੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦੀ ਸਥਾਪਨਾ ਕੀਤੀ ਜਾ ਰਹੀ ਹੈ, ਜਿਸ ਦਾ ਕਾਰਜ ਬਹੁਤ ਜਲਦ ਸ਼ੁਰੂ ਕੀਤਾ ਜਾ ਰਿਹਾ ਹੈ।
ਵਿੱਤ ਮੰਤਰੀ ਨੇ ਕਿਹਾ ਕਿ ਭਾਵੇਂ ਕਿ ਸਾਡੇ ਦੇਸ਼ ਦੇ ਸੰਵਿਧਾਨ ਸਮੇਤ ਸਾਰੇ ਮੁਲਕਾਂ ਦੇ ਸੰਵਿਧਾਨ ਸਮਾਨਤਾ ਤੇ ਬਰਾਬਰੀ ਦੀ ਗੱਲ ਕਰਦੇ ਹਨ, ਪ੍ਰੰਤੂ ਸ੍ਰੀ ਗੁਰੂ ਰਵਿਦਾਸ ਜੀ ਨੇ 650 ਸਾਲ ਪਹਿਲਾਂ ਹੀ ਇਹ ਗੱਲ ਧਾਰਮਿਕ ਤੌਰ ‘ਤੇ ਸਾਡੇ ਤੱਕ ਪਹੁੰਚਾ ਦਿੱਤੀ ਅਤੇ ਦੁਨੀਆਂ ਭਰ ਲਈ ਬੇਗਮਪੁਰਾ ਦਾ ਇੱਕ ਮਾਡਲ ਦਿੱਤਾ ਸੀ। ਉਨ੍ਹਾਂ ਕਿਹਾ ਕਿ ਅੱਜ ਵੀ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਦਿੱਤੇ ਸਿਧਾਂਤਾਂ ਸਮਾਨਤਾ, ਬਰਾਬਰਤਾ ਲਿਆਉਣ ਉਪਰ ਚੱਲਣ ਅਤੇ ਵਿਤਕਰੇਬਾਜੀ ਖ਼ਤਮ ਕਰਨ ਦੀ ਲੋੜ ਹੈ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਅਸੀਂ ਆਪਣੇ ਗੁਰੂਆਂ ਦੀਆਂ ਸ਼ਤਾਬਦੀਆਂ ਮਨਾ ਰਹੇ ਹਾਂ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਖੁਰਾਲਗੜ੍ਹ ਤੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ‘ਤੇ ਮਨਾਉਣ ਅਤੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਸੰਦੇਸ਼ ਕੁਲ ਦੁਨੀਆਂ ਤੱਕ ਪੁੱਜਦਾ ਕਰਨ ਲਈ ਅਜਿਹੇ ਵਿਆਪਕ ਸਮਾਗਮ ਸਾਲ ਭਰ ਕਰਵਾਏ ਜਾਣ ਦਾ ਐਲਾਨ ਕੀਤਾ ਸੀ।
ਉਨ੍ਹਾਂ ਕਿਹਾ ਕਿ ਇਸ ਦਾ ਮਕਸਦ ਯੂਨੀਵਰਸਿਟੀਆਂ ਤੇ ਵਿੱਦਿਅਕ ਸੰਸਥਾਵਾਂ ‘ਚ ਅਧਿਆਤਮਿਕਤਾ ਦਾ ਮਾਹੌਲ ਸਿਰਜਕੇ ਵਿਦਿਆਰਥੀਆਂ ਨੂੰ ਗੁਰੂ ਰਵਿਦਾਸ ਦੇ ਸਮਾਜਿਕ ਕਰਾਂਤੀ ਵਾਲੇ ਸੰਦੇਸ਼ ਨਾਲ ਜੋੜਨਾ ਹੈ। ਵਿੱਤ ਮੰਤਰੀ ਨੇ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਨੇ ਪੰਜਾਬੀ ਯੂਨੀਵਰਸਿਟੀ ਨੂੰ ਵਿੱਤੀ ਘਾਟੇ ‘ਚੋਂ ਕੱਢਣ ਲਈ ਆਪਣੀ ਵਚਨਬੱਧਤਾ ਨਿਭਾਈ ਹੈ, ਜਿਸ ਸਦਕਾ ਯੂਨੀਵਰਸਿਟੀ ਦਾ 120 ਕਰੋੜ ਰੁਪਏ ਵਾਲਾ ਬਜਟ ਹੁਣ 415 ਕਰੋੜ ਰੁਪਏ ਨੂੰ ਪਾਰ ਕਰ ਗਿਆ ਹੈ।
ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਬਾਣੀ ਤੇ ਸਮਾਜਿਕ ਸਮਾਨਤਾ ਦੇ ਸਿਧਾਂਤ ਵਿਚਾਰ ਚਰਚਾ ਵਿੱਚ ਭਾਗ ਲੈਂਦਿਆਂ ਡੇਰਾ ਸੰਤ ਪ੍ਰੀਤਮ ਦਾਸ ਬਾਬੇ ਜੌੜੇ ਦੇ ਜਨਰਲ ਸਕੱਤਰ ਭੈਣ ਸੰਤੋਸ਼ ਨੇ ਸੰਤ ਨਿਰਮਲ ਦਾਸ ਵੱਲੋਂ ਬੋਲਦਿਆਂ ਕਿਹਾ ਕਿ ਮਹਾਨ ਕ੍ਰਾਂਤੀਕਾਰੀ ਸੰਤ ਗੁਰੂ ਰਵਿਦਾਸ ਜੀ ਦੀ ਬਾਣੀ ਦੇ 40 ਸ਼ਬਦ ਤੇ 1 ਸਲੋਕ ਗੁਰੂ ਨਾਨਕ ਦੇਵ ਜੀ ਲੈਕੇ ਆਏ ਤੇ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਇਨ੍ਹਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਬਿਰਾਜਮਾਨ ਕੀਤਾ ਅਤੇ ਉਨ੍ਹਾਂ ਨੇ ਲੋਕਾਈ ‘ਚੋਂ ਅੰਧ ਵਿਸ਼ਵਾਸ਼ ਖਤਮ ਕਰਕੇ ਸ਼ਬਦ ਗੁਰੂ ਨਾਲ ਜੁੜਨ ਲਈ ਪ੍ਰੇਰਿਤ ਕੀਤਾ।
ਸ੍ਰੀ ਗੁਰੂ ਨਾਨਕ ਦੇਵ ਯੁਨੀਵਰਸਿਟੀ ਤੋਂ ਪੁੱਜੇ ਪ੍ਰੋ. ਮਨਜਿੰਦਰ ਸਿੰਘ ਨੇ ਮੁੱਖ ਭਾਸ਼ਣ ਦਿੰਦਿਆਂ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਤੇ ਸਮਾਜਿਕ ਬਰਾਬਰੀ ਦੀ ਵਿਸਥਾਰ ‘ਚ ਵਿਆਖਿਆ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਸਭ ਤੋਂ ਨੀਵੇਂ ਮੰਨੇ ਜਾਂਦੇ ਸਮਾਜ ਦੇ ਵਰਗ ਨੂੰ ਵੀ ਮੋਹੀ ਤੋਹੀ ਅੰਤਰ ਕੈਸਾ ਦੇ ਸ਼ਬਦ ਨਾਲ ਰੱਬ ਦੇ ਬਰਾਬਰ ਦਾ ਦਰਜਾ ਦਿੱਤਾ ਤੇ ਇੱਕ ਸ਼ਬਦ ਸੋਹੰ ਰਾਹੀਂ ਭਾਰਤ ਦੇ ਲੋਕਾਂ ‘ਚ ਵੱਡਾ ਆਤਮ ਵਿਸ਼ਵਾਸ਼ ਭਰਿਆ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀ ਬਾਣੀ ‘ਤੇ ਪੁਨਰ ਵਿਚਾਰ ਕੀਤਾ ਜਾਵੇ ਤਾਂ ਸਾਡੇ ਦੇਸ਼ ਦੀ ਰਾਜਨੀਤੀ ਕੁਲ ਦੁਨੀਆਂ ਦੀ ਰਾਜਨੀਤੀ ਲਈ ਵੱਡੀ ਦੇਣ ਸਾਬਤ ਹੋ ਸਕਦੀ ਹੈ।
ਇਸ ਤੋਂ ਪਹਿਲਾਂ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਨੇ ਮਨੀਸ਼ ਸਿਸੋਦੀਆ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਹੋਰ ਮਹਿਮਾਨਾਂ ਦਾ ਸਵਾਗਤ ਕੀਤਾ। ਸੈਰ ਸਪਾਟੇ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਧੰਨਵਾਦ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਡੇ ਪੱਧਰ ‘ਤੇ ਸ੍ਰੀ ਗੁਰੂ ਰਵਿਦਾਸ ਜੀ ਦਾ 650 ਸਾਲਾ ਪ੍ਰਕਾਸ਼ ਪੁਰਬ ਮਨਾ ਰਹੀ ਹੈ ਅਤੇ ਰਾਜ ਦੇ ਸਾਰੇ ਪਿੰਡਾਂ ਤੇ ਵਾਰਡਾਂ ‘ਚ ਦਸਤਾਵੇਜ਼ੀ ਫ਼ਿਲਮ ਦਿਖਾਈ ਜਾਵੇਗੀ ਅਤੇ 4 ਸ਼ੋਭਾ ਯਾਤਰਾਵਾਂ ਕੱਢੀਆਂ ਜਾਣਗੀਆਂ। ਦੀਪਕ ਬਾਲੀ ਨੇ ਸੰਤ ਸਮਾਜ ਵੱਲੋਂ ਇਹ ਸਮਾਗਮ ਕਰਵਾਉਣ ਲਈ ਵਿਸ਼ੇਸ਼ ਧੰਨਵਾਦ ਕੀਤਾ। ਸਮਾਰੋਹ ਦੌਰਾਨ ਮੰਚ ਸੰਚਾਲਨ ਡੀਨ ਯੁਵਕ ਸੇਵਾਵਾਂ ਡਾ. ਭੀਮਇੰਦਰ ਸਿੰਘ ਨੇ ਕੀਤਾ।
ਸਮਾਰੋਹ ਦੌਰਾਨ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਚੇਤਨ ਸਿੰਘ ਜੌੜਾਮਾਜਰਾ, ਗੁਰਦੇਵ ਸਿੰਘ ਦੇਵ ਮਾਨ ਸਮੇਤ ਰਣਜੋਧ ਸਿੰਘ ਹਡਾਣਾ, ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਤੇਜਿੰਦਰ ਮਹਿਤਾ, ਪੰਜਾਬ ਐਗਰੋ ਦੇ ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ, ਡਿਪਟੀ ਮੇਅਰ ਜਗਦੀਪ ਜੱਗਾ, ਪ੍ਰਿੰਸੀਪਲ ਜੇ.ਪੀ. ਸਿੰਘ, ਡਿਪਟੀ ਕਮਿਸ਼ਨਰ ਵਰਜੀਤ ਵਾਲੀਆ, ਏ.ਡੀ.ਸੀ. ਨਵਰੀਤ ਕੌਰ ਸੇਖੋਂ, ਰਜਿਸਟਰਾਰ ਡਾ. ਦਵਿੰਦਰਪਾਲ ਸਿੰਘ ਸਿੱਧੂ, ਡੀਨ ਵਿਦਿਆਰਥੀ ਭਲਾਈ ਡਾ. ਮਮਤਾ ਸ਼ਰਮਾ, ਉਚੇਰੀ ਸਿੱਖਿਆ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਹਰਜਿੰਦਰ ਸਿੰਘ, ਵੱਖ-ਵੱਖ ਕਾਲਜਾਂ ਦੇ ਪ੍ਰਿੰਸੀਪਲ ਤੇ ਫੈਕਲਟੀ ਸਮੇਤ ਵੱਡੀ ਗਿਣਤੀ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ।

ਸੀਵਰੇਜ ਲਾਈਨ ਬਦਲੇ ਜਾਣ ‘ਤੇ ਖਰਚੇ ਜਾਣਗੇ 78.90 ਲੱਖ ਰੁਪਏ : ਕੁਲਵੰਤ ਸਿੰਘ ਨੇ ਕਰਵਾਈ ਕੰਮ ਦੀ ਸ਼ੁਰੂਆਤ

ਨਗਰ ਨਿਗਮ ਚੋਣਾਂ ਜਲਦੀ ਹੋਣ ਦੀ ਸੰਭਾਵਨਾ: ਵਿਧਾਇਕ ਕੁਲਵੰਤ ਸਿੰਘ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 1 ਅਪ੍ਰੈਲ :

ਵਿਧਾਇਕ ਕੁਲਵੰਤ ਸਿੰਘ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਲੋਕਾਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਧਿਆਨ ਵਿੱਚ ਰੱਖਦੇ ਹੋਏ ਫੇਜ਼ 3ਬੀ2 ਮਾਰਕੀਟ ਦੇ ਐਸ.ਸੀ.ਓ. ਨੰਬਰ 37 ਤੋਂ 73 ਦੇ ਪਿੱਛੇ ਅਤੇ ਮਕਾਨ ਨੰਬਰ 1688 ਤੋਂ 1763 (ਲਿਬਰਟੀ ਹਸਪਤਾਲ ਤੱਕ) ਸੀਵਰੇਜ ਸਮੱਸਿਆ ਦੇ ਪੱਕੇ ਹੱਲ ਲਈ ਨਵੀਂ ਪਾਈਪਲਾਈਨ ਵਿਛਾਈ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਮੌਜੂਦਾ ਸੀਵਰੇਜ ਲਾਈਨ ਲਗਭਗ ਜਾਮ ਹੋ ਚੁੱਕੀ ਹੈ, ਜਿਸ ਕਾਰਨ ਇਲਾਕੇ ਦੇ ਵਸਨੀਕਾਂ ਅਤੇ ਵਪਾਰੀਆਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਇਸ ਸਮੱਸਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਲਗਭਗ 78.90 ਲੱਖ ਰੁਪਏ ਦੀ ਲਾਗਤ ਨਾਲ ਦੋਵੇਂ ਸੀਵਰੇਜ ਲਾਈਨਾਂ ਨੂੰ ਬਦਲਿਆ ਜਾ ਰਿਹਾ ਹੈ।

ਵਿਧਾਇਕ ਨੇ ਜਾਣਕਾਰੀ ਦਿੱਤੀ ਕਿ ਮਾਰਕੀਟ ਦੇ ਪਿੱਛੇ ਪਾਈ ਜਾਣ ਵਾਲੀ ਪਾਈਪਲਾਈਨ ਦੀ ਲੰਬਾਈ 290 ਮੀਟਰ ਹੋਵੇਗੀ, ਜਿਸ ਦਾ ਸਾਈਜ਼ 250 ਐਮ.ਐਮ. ਐਸ.ਐਨ. ਪਾਈਪ ਹੋਵੇਗਾ। ਇਸ ਤੋਂ ਇਲਾਵਾ ਮਕਾਨ ਨੰਬਰ 1688 ਤੋਂ 1763 ਤੱਕ ਦੀ ਪਾਈਪਲਾਈਨ ਦੀ ਕੁੱਲ ਲੰਬਾਈ 481 ਮੀਟਰ ਹੋਵੇਗੀ, ਜਿਸ ਵਿੱਚੋਂ 253 ਮੀਟਰ 200 ਐਮ.ਐਮ. ਅਤੇ 228 ਮੀਟਰ 250 ਐਮ.ਐਮ. ਐਸ.ਐਨ. ਪਾਈਪ ਲਗਾਈ ਜਾਵੇਗੀ। ਇਹ ਸਾਰਾ ਕੰਮ ਦੋ ਮਹੀਨੇ ਅੰਦਰ ਪੂਰਾ ਕਰਨ ਦਾ ਟੀਚਾ ਰੱਖਿਆ ਗਿਆ ਹੈ।

ਉਨ੍ਹਾਂ ਹੋਰ ਦੱਸਿਆ ਕਿ ਮੋਹਾਲੀ ਨਗਰ ਨਿਗਮ ਵਿੱਚ ਸ਼ਾਮਲ ਕੀਤੇ ਗਏ ਨਵੇਂ ਪਿੰਡਾਂ ਨੂੰ ਨਵੀਂ ਨੀਤੀ ਤਹਿਤ ਗਮਾਡਾ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਨਾਲ ਜੋੜਿਆ ਜਾਵੇਗਾ, ਜਿਸ ਨਾਲ ਸੀਵਰੇਜ, ਸਟੋਰਮ ਵਾਟਰ ਅਤੇ ਸਟਰੀਟ ਲਾਈਟ ਵਰਗੀਆਂ ਮੁੱਖ ਸਹੂਲਤਾਂ ਦਾ ਵਿਆਪਕ ਵਿਕਾਸ ਹੋਵੇਗਾ।

ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਨਗਰ ਨਿਗਮ ਦੇ ਮੌਜੂਦਾ ਪ੍ਰਬੰਧਨ ‘ਤੇ ਟਿੱਪਣੀ ਕਰਦੇ ਹੋਏ ਕਿਹਾ ਕਿ ਮੇਅਰ ਵੱਲੋਂ ਲੋਕਾਂ ਪ੍ਰਤੀ ਜਿੰਮੇਵਾਰੀ ਦੀ ਪੂਰੀ ਸਮਝ ਨਹੀਂ ਦਿਖਾਈ ਦੇ ਰਹੀ। ਉਨ੍ਹਾਂ ਕਿਹਾ ਕਿ ਇੱਕ ਪ੍ਰਬੰਧਕੀ ਮੁਖੀ ਦੀ ਜਿੰਮੇਵਾਰੀ ਹੁੰਦੀ ਹੈ ਕਿ ਉਹ ਅਫਸਰਸ਼ਾਹੀ ਅਤੇ ਲੋਕਾਂ ਵਿਚਕਾਰ ਸੁਚੱਜਾ ਤਾਲਮੇਲ ਬਣਾਈ ਰੱਖੇ ਅਤੇ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਵਾਏ।
ਉਨ੍ਹਾਂ ਆਪਣੇ ਮੇਅਰ ਦੇ ਦੌਰ ਨੂੰ ਯਾਦ ਕਰਦੇ ਹੋਏ ਕਿਹਾ ਕਿ ਉਸ ਸਮੇਂ ਸ਼ਹਿਰ ਵਿੱਚ ਸਫਾਈ ਅਤੇ ਹੋਰ ਮੁੱਢਲੀਆਂ ਸਹੂਲਤਾਂ ਸੁਚਾਰੂ ਢੰਗ ਨਾਲ ਚਲਦੀਆਂ ਸਨ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਿਆ ਜਾਂਦਾ ਸੀ।

ਨਗਰ ਨਿਗਮ ਚੋਣਾਂ ਬਾਰੇ ਗੱਲ ਕਰਦੇ ਹੋਏ ਉਨ੍ਹਾਂ ਕਿਹਾ ਕਿ ਚੋਣਾਂ ਜਲਦੀ ਹੋਣ ਜਾ ਰਹੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਵਿੱਚ ਲੋਕਾਂ ਨਾਲ ਕੀਤੇ ਵਾਅਦੇ ਅਤੇ ਗਰੰਟੀਆਂ ਨੂੰ ਪੂਰਾ ਕੀਤਾ ਗਿਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਵਿਕਾਸ ਦੇ ਕੰਮ ਇਸੇ ਤਰ੍ਹਾਂ ਜਾਰੀ ਰਹਿਣਗੇ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੀਆਂ ਸਮੱਸਿਆਵਾਂ ਅਤੇ ਜ਼ਰੂਰਤਾਂ ਸਰਕਾਰ ਦੇ ਨੁਮਾਇੰਦਿਆਂ ਦੇ ਧਿਆਨ ਵਿੱਚ ਲਿਆਉਣ ਤਾਂ ਜੋ ਉਨ੍ਹਾਂ ਦਾ ਸਮੇਂ ਸਿਰ ਹੱਲ ਕੀਤਾ ਜਾ ਸਕੇ। ਅਸਟਾਮ ਫਰੋਸ਼ਾਂ ਦੀ ਸਮੱਸਿਆ ਬਾਰੇ ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਣਕਾਰੀ ਮੀਡੀਆ ਰਾਹੀਂ ਮਿਲੀ ਹੈ ਅਤੇ ਸੰਬੰਧਤ ਲੋਕ ਵੇਰਵਾ ਪ੍ਰਦਾਨ ਕਰਨ ਤਾਂ ਜੋ ਇਸਦਾ ਜਲਦੀ ਨਿਪਟਾਰਾ ਕੀਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਵੱਡੇ ਪੱਧਰ ‘ਤੇ ਵਿਕਾਸ ਕਾਰਜ ਹੋ ਰਹੇ ਹਨ ਅਤੇ ਵਿਰੋਧੀਆਂ ਕੋਲ ਹੁਣ ਕੋਈ ਵੱਡਾ ਮੁੱਦਾ ਨਹੀਂ ਬਚਿਆ।

ਜੋਗਿੰਦਰਾ ਗਰੁੱਪ ਵੱਲੋਂ ਕੀਤਾ ਜਾ ਰਿਹਾ 1,100 ਕਰੋੜ ਰੁਪਏ ਦਾ ਨਿਵੇਸ਼ ਪੰਜਾਬ ਦੇ ਉਦਯੋਗਿਕ ਵਿਕਾਸ ਅਤੇ ਗਰੀਨ ਊਰਜਾ ਨੂੰ ਵੱਡਾ ਹੁਲਾਰਾ ਦੇਵੇਗਾ : ਸੰਜੀਵ ਅਰੋੜਾ

ਚੰਡੀਗੜ੍ਹ, 1 ਅਪ੍ਰੈਲ 2026 :

ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਜੋਗਿੰਦਰਾ ਗਰੁੱਪ ਵੱਲੋਂ 1,100 ਕਰੋੜ ਰੁਪਏ ਦੇ ਨਿਵੇਸ਼ ਨਾਲ ਰਣਨੀਤਕ ਵਿਸਥਾਰ ਦੀ ਯੋਜਨਾ ਦਾ ਐਲਾਨ ਕੀਤਾ ਗਆ ਹੈ ਜਿਸ ਤਹਿਤ ਪੰਜਾਬ ਦੇ ਉਦਯੋਗਿਕ ਵਿਕਾਸ ਅਤੇ ਗਰੀਨ ਊਰਜਾ ਦੀ ਵਰਤੋਂ ਨੂੰ ਵੱਡਾ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਇਹ ਨਿਵੇਸ਼ ਪੰਜਾਬ ਦੀਆਂ ਪ੍ਰਗਤੀਸ਼ੀਲ ਨੀਤੀਆਂ ਅਤੇ ਕਾਰੋਬਾਰ ਪੱਖੀ ਮਾਹੌਲ ਪ੍ਰਤੀ ਉਦਯੋਗਾਂ ਦੇ ਵਧ ਰਹੇ ਵਿਸ਼ਵਾਸ ਨੂੰ ਦਰਸਾਉਂਦਾ ਹੈ।

ਸੰਜੀਵ ਅਰੋੜਾ ਨੇ ਕਿਹਾ ਕਿ ਇਹ ਨਿਵੇਸ਼ ਪੰਜਾਬ ਦੀਆਂ ਪ੍ਰਗਤੀਸ਼ੀਲ ਨੀਤੀਆਂ ਅਤੇ ਕਾਰੋਬਾਰ ਪੱਖੀ ਮਾਹੌਲ ਪ੍ਰਤੀ ਉਦਯੋਗਾਂ ਦੇ ਵਧ ਰਹੇ ਵਿਸ਼ਵਾਸ ਨੂੰ ਦਰਸਾਉਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਵਿਸਥਾਰ ਤਹਿਤ ਸਟੀਲ ਖੇਤਰ ਵਿੱਚ 700 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ ਜੋ ਮੁੱਖ ਤੌਰ ‘ਤੇ ਜੋਗਿੰਦਰਾ ਕਾਸਟਿੰਗ ਅਤੇ ਵਰਧਮਾਨ ਆਦਰਸ਼ ਰਾਹੀਂ ਕੀਤਾ ਜਾਵੇਗਾ ਜਿਸ ਵਿੱਚ ਜੋਗਿੰਦਰਾ ਗ੍ਰੀਨ ਇੰਡੀਆ ਰਾਹੀਂ ਨਵਿਆਉਣਯੋਗ ਊਰਜਾ ਵਿੱਚ 400 ਕਰੋੜ ਰੁਪਏ ਦਾ ਨਿਵੇਸ਼ ਸ਼ਾਮਲ ਹੈ।

ਇਸ ਵਿਸਥਾਰ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਸੰਜੀਵ ਅਰੋੜਾ ਨੇ ਕਿਹਾ, “ਜੋਗਿੰਦਰਾ ਗਰੁੱਪ ਦਾ ਟਰਨਓਵਰ 3,000 ਕਰੋੜ ਰੁਪਏ ਤੋਂ ਵੱਧ ਕੇ 5,000 ਕਰੋੜ ਰੁਪਏ ਹੋਣ ਦੀ ਸੰਭਾਵਨਾ ਹੈ ਅਤੇ ਇਸ ਦੇ ਕਰਮਚਾਰੀਆਂ ਦੀ ਗਿਣਤੀ 1,800 ਤੋਂ ਵੱਧ ਕੇ 3,000 ਹੋ ਜਾਵੇਗੀ ਜਿਸ ਨਾਲ ਰੁਜ਼ਗਾਰ ਦੇ ਵੱਡੇ ਮੌਕੇ ਪੈਦਾ ਹੋਣਗੇ। ਉਨ੍ਹਾਂ ਅੱਗੇ ਕਿਹਾ ਕਿ ਨਵਿਆਉਣਯੋਗ ਊਰਜਾ ਸਮਰੱਥਾ 37 ਮੈਗਾਵਾਟ ਤੋਂ ਵੱਧ ਕੇ 120 ਮੈਗਾਵਾਟ ਹੋ ਜਾਵੇਗੀ।”

ਜੋਗਿੰਦਰਾ ਗਰੁੱਪ ਦੇ ਪਿਛੋਕੜ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ 1992 ਵਿੱਚ ਸਥਾਪਿਤ ਜੋਗਿੰਦਰਾ ਗਰੁੱਪ ਉੱਤਰੀ ਭਾਰਤ ਦੀ ਇੱਕ ਮੋਹਰੀ ਉਦਯੋਗਿਕ ਗਰੁੱਪ ਹੈ ਜੋ ਸਟੀਲ ਨਿਰਮਾਣ ਦੇ ਖੇਤਰ ਵਿੱਚ ਨਿਰੰਤਰ ਕਾਰਜਸ਼ੀਲ ਹੈ ਅਤੇ ਇਹ ਕੰਪਨੀ ਨਵਿਆਉਣਯੋਗ ਊਰਜਾ ਵਿੱਚ ਵੀ ਪੈਰ ਪਸਾਰ ਰਹੀ ਹੈ। ਉਨ੍ਹਾਂ ਅੱਗੇ ਕਿਹਾ, “ਇਸ ਗਰੁੱਪ ਦੀ ਅਗਵਾਈ ਸੀਐਮਡੀ ਆਦਰਸ਼ ਗਰਗ ਵੱਲੋਂ ਡਾਇਰੈਕਟਰ ਸੰਜੇ ਗੁਪਤਾ ਅਤੇ ਨਿਮਿਤ ਗੁਪਤਾ ਦੇ ਨਾਲ ਕੀਤੀ ਜਾਂਦੀ ਹੈ।”

ਇਸ ਸਬੰਧੀ ਖੇਤਰੀ ਪ੍ਰਭਾਵ ‘ਤੇ ਚਾਨਣਾ ਪਾਉਂਦਿਆਂ ਸੰਜੀਵ ਅਰੋੜਾ ਨੇ ਕਿਹਾ ਕਿ ਮੰਡੀ ਗੋਬਿੰਦਗੜ੍ਹ ਹਮੇਸ਼ਾ ਤੋਂ ਪੰਜਾਬ ਦੇ ਸਟੀਲ ਉਦਯੋਗ ਦੀ ਰੀੜ੍ਹ ਦੀ ਹੱਡੀ ਰਿਹਾ ਹੈ। ਉਨ੍ਹਾਂ ਕਿਹਾ, “ਅੱਜ ਭਗਵੰਤ ਮਾਨ ਸਰਕਾਰ ਅਧੀਨ ਇਹ ਨਵੇਂ ਨਿਵੇਸ਼, ਆਧੁਨਿਕੀਕਰਨ ਅਤੇ ਸਾਫ਼-ਸੁਥਰੇ ਤੇ ਵਧੇਰੇ ਕੁਸ਼ਲ ਉਤਪਾਦਨ ਨਾਲ ਆਪਣੀ ਸਥਿਤੀ ਨੂੰ ਹੋਰ ਮਜ਼ਬੂਤ ਕਰ ਰਿਹਾ ਹੈ। ਜੋਗਿੰਦਰਾ ਗਰੁੱਪ ਵੱਲੋਂ ਕੀਤਾ ਗਿਆ ਵਿਸਥਾਰ ਇਸ ਗੱਲ ਦਾ ਸਪੱਸ਼ਟ ਸੰਕੇਤ ਹੈ ਕਿ ਗੋਬਿੰਦਗੜ੍ਹ ਇੱਕ ਵਾਰ ਫਿਰ ਪੰਜਾਬ ਦੀ ਉਦਯੋਗਿਕ ਆਰਥਿਕਤਾ ਲਈ ਵਿਕਾਸ ਦਾ ਮੁੱਖ ਕੇਂਦਰ ਬਣ ਰਿਹਾ ਹੈ।”

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਨਿਰਮਾਣ ਅਤੇ ਗਰੀਨ ਊਰਜਾ ਵਿੱਚ ਨਿਵੇਸ਼ ਲਈ ਇੱਕ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ ਅਤੇ ਇਹ 1,100 ਕਰੋੜ ਰੁਪਏ ਦਾ ਨਿਵੇਸ਼ ਉਦਯੋਗਿਕ ਅਧਾਰ ਨੂੰ ਮਜ਼ਬੂਤ ਕਰੇਗਾ, ਰੁਜ਼ਗਾਰ ਦੇ ਅਹਿਮ ਮੌਕੇ ਪੈਦਾ ਕਰੇਗਾ ਅਤੇ ਸਥਾਈ ਵਿਕਾਸ ਨੂੰ ਯਕੀਨੀ ਬਣਾਏਗਾ।

ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੰਤਰੀ ਨੇ ਕਿਹਾ, “ਆਪ ਸਰਕਾਰ ਉਦਯੋਗ ਪੱਖੀ ਮਾਹੌਲ ਪ੍ਰਦਾਨ ਕਰਨ, ਕਾਰੋਬਾਰ ਕਰਨ ਵਿੱਚ ਆਸਾਨੀ ਨੂੰ ਯਕੀਨੀ ਬਣਾਉਣ ਅਤੇ ਸੂਬੇ ਭਰ ਵਿੱਚ ਵਾਤਾਵਰਣ ਸੁਰੱਖਿਆ ‘ਤੇ ਕੇਂਦਰਤ ਨਿਵੇਸ਼ਾਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ।”

CM ਮਾਨ ਸਰਕਾਰ ਦੀ ‘ਰੋਜ਼ਗਾਰ ਕ੍ਰਾਂਤੀ’ : ਵਿੱਤ ਮੰਤਰੀ ਹਰਪਾਲ ਚੀਮਾ ਨੇ 11 ਜੂਨੀਅਰ ਆਡੀਟਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ, 1 ਅਪ੍ਰੈਲ :

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀ ‘ਰੋਜ਼ਗਾਰ ਕ੍ਰਾਂਤੀ’ ਪਹਿਲਕਦਮੀ ਤਹਿਤ ਇੱਕ ਰਸਮੀ ਸਮਾਗਮ ਦੌਰਾਨ ਨਵ-ਨਿਯੁਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਅਤੇ ਪਾਰਦਰਸ਼ੀ ਪ੍ਰਕਿਰਿਆ ਰਾਹੀਂ ਚੁਣੇ ਗਏ 11 ਉਮੀਦਵਾਰਾਂ ਨੂੰ ਐਗਜ਼ਾਮੀਨਰ, ਲੋਕਲ ਫੰਡ ਅਕਾਊਂਟਸ ਦੇ ਦਫ਼ਤਰ ਵਿੱਚ ਜੂਨੀਅਰ ਆਡੀਟਰ ਵਜੋਂ ਸ਼ਾਮਲ ਕੀਤਾ।

ਨਵ-ਨਿਯੁਕਤ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜਨਤਕ ਸੇਵਾ ਵਿੱਚ ਇਮਾਨਦਾਰੀ ਅਤੇ ਜ਼ਿੰਮੇਵਾਰੀ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ, “ਮੈਂ ਸਾਰੇ ਨਵ-ਨਿਯੁਕਤ ਨੌਜਵਾਨਾਂ ਨੂੰ ਤਹਿ ਦਿਲੋਂ ਵਧਾਈ ਦਿੰਦਾ ਹਾਂ ਅਤੇ ਉਹਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਆਪਣੀਆਂ ਪ੍ਰਸ਼ਾਸਕੀ ਡਿਊਟੀਆਂ ਪੂਰੀ ਲਗਨ, ਪਾਰਦਰਸ਼ਤਾ ਅਤੇ ਪੂਰੀ ਇਮਾਨਦਾਰੀ ਨਾਲ ਨਿਭਾਉਣ। ਰਾਜ ਦੀਆਂ ਜਨਤਕ ਸੰਸਥਾਵਾਂ ਦੀ ਵਿੱਤੀ ਸਿਹਤ ਅਤੇ ਜਵਾਬਦੇਹੀ ਨੂੰ ਬਣਾਈ ਰੱਖਣ ਲਈ ਤੁਹਾਡੀ ਇਮਾਨਦਾਰੀ ਬਹੁਤ ਜ਼ਰੂਰੀ ਹੈ।”

ਭਰਤੀ ਪ੍ਰਕਿਰਿਆ ਦੀ ਭਰੋਸੇਯੋਗਤਾ ਨੂੰ ਉਜਾਗਰ ਕਰਦਿਆਂ, ਵਿੱਤ ਮੰਤਰੀ ਚੀਮਾ ਨੇ ਦੱਸਿਆ ਕਿ ਇਹ ਪੂਰੀ ਪ੍ਰਕਿਰਿਆ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਰਾਹੀਂ ਸਖ਼ਤੀ ਨਾਲ ਮੈਰਿਟ ਦੇ ਆਧਾਰ ‘ਤੇ ਕਰਵਾਈ ਗਈ ਹੈ। ਉਨ੍ਹਾਂ ਕਿਹਾ, “ਇਹ ਭਰਤੀ ਮੁਹਿੰਮ ਪੰਜਾਬ ਲੋਕ ਸੇਵਾ ਕਮਿਸ਼ਨ ਰਾਹੀਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ‘ਤੇ ਚਲਾਈ ਗਈ ਹੈ। ਮੈਨੂੰ ਯਕੀਨ ਹੈ ਕਿ ਇਸ ਨਵੀਂ ਅਤੇ ਯੋਗ ਪ੍ਰਤਿਭਾ ਦੇ ਸ਼ਾਮਲ ਹੋਣ ਨਾਲ ਵਿੱਤ ਵਿਭਾਗ ਦੇ ਅੰਦਰ ਐਗਜ਼ਾਮੀਨਰ, ਲੋਕਲ ਫੰਡ ਅਕਾਊਂਟਸ ਵਿੰਗ ਦੀ ਕਾਰਜਕੁਸ਼ਲਤਾ ਅਤੇ ਸਮੁੱਚੀ ਉਤਪਾਦਕਤਾ ਵਿੱਚ ਕਾਫ਼ੀ ਵਾਧਾ ਹੋਵੇਗਾ।”

ਰੋਜ਼ਗਾਰ ਪੈਦਾ ਕਰਨ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਉਹਨਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੁਣ ਤੱਕ ਹਾਸਲ ਕੀਤੀ ਗਈ ਤਰੱਕੀ ਦੇ ਪੱਧਰ ਨੂੰ ਰੇਖਾਂਕਿਤ ਕੀਤਾ। ਉਹਨਾਂ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ, ਪੰਜਾਬ ਸਰਕਾਰ ਨੇ ਹੁਣ ਤੱਕ 65,000 ਤੋਂ ਵੱਧ ਨੌਜਵਾਨਾਂ ਨੂੰ ਸੁਰੱਖਿਅਤ ਰੋਜ਼ਗਾਰ ਪ੍ਰਦਾਨ ਕਰਨ ਵਿੱਚ ਸ਼ਾਨਦਾਰ ਸਫ਼ਲਤਾ ਹਾਸਲ ਕੀਤੀ ਹੈ। ਇਹ ਸ਼ਾਨਦਾਰ ਅੰਕੜਾ ਪੰਜਾਬ ਦੇ ਹੋਣਹਾਰ ਨੌਜਵਾਨਾਂ ਨੂੰ ਟਿਕਾਊ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਸਰਕਾਰ ਦੇ ਮੁੱਖ ਵਾਅਦੇ ਦੀ ਇਤਿਹਾਸਕ ਪੂਰਤੀ ਵਜੋਂ ਖੜ੍ਹਾ ਹੈ।”

ਰੋਜ਼ਗਾਰ ‘ਤੇ ਨਿਰੰਤਰ ਧਿਆਨ ਕੇਂਦਰਿਤ ਕਰਨ ‘ਤੇ ਜ਼ੋਰ ਦਿੰਦਿਆਂ, ਵਿੱਤ ਮੰਤਰੀ ਨੇ ਅੱਗੇ ਕਿਹਾ, “’ਰੋਜ਼ਗਾਰ ਕ੍ਰਾਂਤੀ’ ਪੰਜਾਬ ਸਰਕਾਰ ਲਈ ਇੱਕ ਮੁੱਖ ਤਰਜੀਹ ਹੈ। ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਸਾਰੇ ਵਿਭਾਗਾਂ ਵਿੱਚ ਇੱਕ ਮਜ਼ਬੂਤ, ਕੁਸ਼ਲ, ਅਤੇ ਨੌਜਵਾਨਾਂ ਦੀ ਅਗਵਾਈ ਵਾਲਾ ਪ੍ਰਸ਼ਾਸਕੀ ਢਾਂਚਾ ਉਸਾਰਨ ਲਈ ਪਾਰਦਰਸ਼ੀ ਭਰਤੀ ਪ੍ਰਕਿਰਿਆਵਾਂ ਦੀ ਨਿਰੰਤਰ ਪਾਲਣਾ ਕੀਤੀ ਜਾਵੇ।”

ਮੁੱਖ ਮੰਤਰੀ ਸਿਹਤ ਯੋਜਨਾ ਦੀ ਰਾਜ ਵਿਆਪੀ ਸਿਹਤ ਕਾਰਡ ਰਜਿਸਟ੍ਰੇਸ਼ਨ ਮੁਹਿੰਮ ‘ਚ 19,000 ਆਸ਼ਾ ਵਰਕਰਾਂ ਹੋਈਆਂ ਸ਼ਾਮਲ

ਚੰਡੀਗੜ੍ਹ, 1 ਅਪ੍ਰੈਲ 2026:

ਸਿਹਤ ਸੇਵਾਵਾਂ ਨੂੰ ਆਖ਼ਰੀ ਮੀਲ ਤੱਕ ਪਹੁੰਚਾਉਣ ਲਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਰਜਿਸਟ੍ਰੇਸ਼ਨ ਨੂੰ ਤੇਜ਼ ਕਰਨ ਲਈ ਆਪਣੇ ਵਿਸ਼ਾਲ ਆਸ਼ਾ (ਅਕਰੈਡਿਟਿਡ ਸੋਸ਼ਲ ਹੈਲਥ ਐਕਟੀਵਿਟੀ) ਵਰਕਰਾਂ ਦੇ ਨੈੱਟਵਰਕ ਨੂੰ ਸਰਗਰਮ ਕਰ ਦਿੱਤਾ ਹੈ। ਹੁਣ ਪੂਰੇ ਪੰਜਾਬ ਦੇ ਪਿੰਡਾਂ ਵਿੱਚ ੧੯,੦੦੦ ਤੋਂ ਵੱਧ ਆਸ਼ਾ ਵਰਕਰਾਂ ਅਤੇ ੯੦੦ ਫੈਸਿਲੀਟੇਟਰ ਰਜਿਸਟ੍ਰੇਸ਼ਨ ਮੁਹਿੰਮ ਨੂੰ ਚਲਾ ਰਹੇ ਹਨ।

ਜ਼ਮੀਨੀ ਪੱਧਰ ‘ਤੇ ਸਕੀਮ ਦੇ ਦਾਇਰੇ ਨੂੰ ਵਧਾਉਣ ਵਿੱਚ ਆਸ਼ਾ ਵਰਕਰ ਅਹਿਮ ਭੂਮਿਕਾ ਨਿਭਾ ਰਹੀਆਂ ਹਨ। ਹਰੇਕ ਵਰਕਰ ਨੂੰ ਲਗਭਗ ੧,੦੦੦ ਨਿਵਾਸੀਆਂ (ਕਰੀਬ ੨੫੦ ਘਰਾਂ) ਦੀ ਆਬਾਦੀ ਸੌਂਪੀ ਗਈ ਹੈ, ਜਿੱਥੇ ਉਹ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕਰ ਰਹੀਆਂ ਹਨ ਅਤੇ ਪਰਿਵਾਰਾਂ ਨੂੰ ਸੇਵਾ ਕੇਂਦਰਾਂ ਅਤੇ ਕਾਮਨ ਸਰਵਿਸ ਸੈਂਟਰਾਂ (CSC) ਵਿੱਚ ਰਜਿਸਟ੍ਰੇਸ਼ਨ ਲਈ ਲੈ ਕੇ ਜਾ ਰਹੀਆਂ ਹਨ। ਇਹ ਪਹੁੰਚ ਯਕੀਨੀ ਬਣਾਉਂਦੀ ਹੈ ਕਿ ਜਾਗਰੂਕਤਾ ਸਿੱਧੀ ਘਰਾਂ ਤੱਕ ਪਹੁੰਚੇ, ਖਾਸ ਕਰਕੇ ਪੇਂਡੂ ਖੇਤਰਾਂ ਵਿੱਚ, ਅਤੇ ਪਰਿਵਾਰਾਂ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਵਿੱਚ ਅਗਵਾਈ ਕੀਤੀ ਜਾ ਸਕੇ ਤਾਂ ਜੋ ਬਿਨਾਂ ਕਿਸੇ ਦੇਰੀ ਜਾਂ ਉਲਝਣ ਦੇ ਵੈਰੀਫਿਕੇਸ਼ਨ ਮੁਕੰਮਲ ਹੋ ਸਕੇ।

ਇਸ ਲਗਾਤਾਰ ਜ਼ਮੀਨੀ ਲਾਮਬੰਦੀ ਦਾ ਪ੍ਰਭਾਵ ਪਹਿਲਾਂ ਹੀ ਦਿਖਾਈ ਦੇ ਰਿਹਾ ਹੈ। ਆਸ਼ਾ ਵਰਕਰਾਂ ਦੀਆਂ ਕੋਸ਼ਿਸ਼ਾਂ ਸਦਕਾ ਪਿਛਲੇ ੨੦ ਦਿਨਾਂ ਵਿੱਚ ਹੀ ਲਗਭਗ ੧੦ ਲੱਖ ਰਜਿਸਟ੍ਰੇਸ਼ਨਾਂ ਹੋਈਆਂ ਹਨ, ਜਿਸ ਨਾਲ ਪੰਜਾਬ ਦੇ ਵਸਨੀਕਾਂ ਨੂੰ ਸਿਹਤ ਬੀਮੇ ਦੇ ਘੇਰੇ ਵਿੱਚ ਲਿਆਉਣ ਦੀ ਰਫ਼ਤਾਰ ਕਾਫ਼ੀ ਵਧੀ ਹੈ। ਇਸ ਗਤੀ ਨੂੰ ਬਰਕਰਾਰ ਰੱਖਣ ਲਈ, ਆਸ਼ਾ-ਅਧਾਰਿਤ ਮਾਡਲ ਨੂੰ ਇੱਕ ਢਾਂਚਾਗਤ ਪ੍ਰੋਤਸਾਹਨ ਪ੍ਰਣਾਲੀ (incentive system) ਦੁਆਰਾ ਸਹਿਯੋਗ ਦਿੱਤਾ ਜਾ ਰਿਹਾ ਹੈ। ਸਫਲ ਰਜਿਸਟ੍ਰੇਸ਼ਨਾਂ ਲਈ ਵਰਕਰਾਂ ਨੂੰ ਉਤਸ਼ਾਹਤ ਰਾਸ਼ੀ ਦਿੱਤੀ ਜਾ ਰਹੀ ਹੈ, ਜੋ ਹਰ ਖੇਤਰ ਵਿੱਚ ਜਵਾਬਦੇਹੀ ਅਤੇ ਨਿਰੰਤਰ ਪਹੁੰਚ ਨੂੰ ਯਕੀਨੀ ਬਣਾਉਂਦੀ ਹੈ।

ਇਸ ਪਹਿਲਕਦਮੀ ਦੇ ਪਿੱਛੇ ਦੇ ਉਦੇਸ਼ ‘ਤੇ ਜ਼ੋਰ ਦਿੰਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਸੀ ਐਮ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਵਿੱਚ ਇਲਾਜ ਦੇ ਖਰਚੇ ਦੀ ਅਦਾਇਗੀ ਨਾ ਕਰ ਸਕਣ ਕਾਰਨ ਕਿਸੇ ਵੀ ਪਰਿਵਾਰ ਨੂੰ ਦੁਖੀ ਨਹੀਂ ਹੋਣਾ ਪਵੇਗਾ। ਸਾਡੀਆਂ ਆਸ਼ਾ ਵਰਕਰਾਂ ਇਸ ਵਾਅਦੇ ਨੂੰ ਲੋਕਾਂ ਦੇ ਘਰਾਂ ਤੱਕ ਲੈ ਕੇ ਜਾ ਰਹੀਆਂ ਹਨ, ਇਹ ਯਕੀਨੀ ਬਣਾਉਂਦੀਆਂ ਹਨ ਕਿ ਹਰ ਪਰਿਵਾਰ ਜਾਗਰੂਕ ਹੋਵੇ ਅਤੇ ਰਜਿਸਟ੍ਰੇਸ਼ਨ ਕਰਵਾ ਸਕੇ। ਇਹ ਸਿਰਫ ਕਾਗਜ਼ਾਂ ‘ਤੇ ਚੱਲਣ ਵਾਲੀ ਸਕੀਮ ਨਹੀਂ ਹੈ, ਇਹ ਇੱਕ ਗਾਰੰਟੀ ਹੈ ਜੋ ਅਸੀਂ ਸਿੱਧੇ ਤੌਰ ‘ਤੇ ਲੋਕਾਂ ਨੂੰ, ਇੱਕ-ਇੱਕ ਘਰ ਜਾ ਕੇ ਦੇ ਰਹੇ ਹਾਂ।”

ਮੁੱਖ ਮੰਤਰੀ ਸਿਹਤ ਯੋਜਨਾ ਦਾ ਘੇਰਾ ਪੂਰੇ ਪੰਜਾਬ ਵਿੱਚ ਲਗਾਤਾਰ ਵਧ ਰਿਹਾ ਹੈ, ਜਿਸ ਵਿੱਚ ਹਰ ਰੋਜ਼ ਲਗਭਗ ੫੦,੦੦੦ ਵਸਨੀਕ ਰਜਿਸਟਰ ਹੋ ਰਹੇ ਹਨ ਅਤੇ ਹੁਣ ਤੱਕ ੩੫ ਲੱਖ ਤੋਂ ਵੱਧ ਸਿਹਤ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ। ਲੁਧਿਆਣਾ, ਪਟਿਆਲਾ ਅਤੇ ਜਲੰਧਰ ਵਰਗੇ ਜ਼ਿਲ੍ਹੇ ਰਜਿਸਟ੍ਰੇਸ਼ਨ ਵਿੱਚ ਮੋਹਰੀ ਹਨ, ਜੋ ਸ਼ਹਿਰੀ ਅਤੇ ਪੇਂਡੂ ਦੋਵਾਂ ਖੇਤਰਾਂ ਵਿੱਚ ਮਜ਼ਬੂਤ ਭਾਗੀਦਾਰੀ ਨੂੰ ਦਰਸਾਉਂਦੇ ਹਨ।

ਸਿਰਫ਼ ਰਜਿਸਟ੍ਰੇਸ਼ਨ ਹੀ ਨਹੀਂ, ਇਹ ਸਕੀਮ ਸਿਹਤ ਸੇਵਾਵਾਂ ਦੇ ਨਤੀਜੇ ਵੀ ਸਰਗਰਮੀ ਨਾਲ ਪ੍ਰਦਾਨ ਕਰ ਰਹੀ ਹੈ। ਹੁਣ ਤੱਕ ੩੦੦ ਕਰੋੜ ਰੁਪਏ ਦੇ ੨ ਲੱਖ ਤੋਂ ਵੱਧ ਇਲਾਜ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਵਿੱਚ ਦਿਲ ਦੀ ਦੇਖਭਾਲ, ਡਾਇਲਸਿਸ, ਆਰਥੋਪੈਡਿਕਸ, ਕੈਂਸਰ ਦੇ ਇਲਾਜ ਅਤੇ ਐਮਰਜੈਂਸੀ ਸੇਵਾਵਾਂ ਨਾਲ ਸਬੰਧਤ ੪੦,੦੦੦ ਤੋਂ ਵੱਧ ਸਰਜੀਕਲ ਪ੍ਰਕਿਰਿਆਵਾਂ ਸ਼ਾਮਲ ਹਨ। ਇਸ ਯੋਜਨਾ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਬਜਟ ੨੦੨੬-੨੭ ਵਿੱਚ ੨,੦੦੦ ਕਰੋੜ ਰੁਪਏ ਦੀ ਵੰਡ ਕੀਤੀ ਗਈ ਹੈ।

ਕੈਂਪਾਂ, ਕੇਂਦਰਾਂ ਅਤੇ ਘਰ-ਘਰ ਜਾ ਕੇ ਕੀਤੀ ਜਾ ਰਹੀ ਲਾਮਬੰਦੀ ਦੇ ਨਾਲ, ਪੰਜਾਬ ਸਰਕਾਰ ਵਸਨੀਕਾਂ ਨੂੰ ਆਪਣਾ ਸਿਹਤ ਕਾਰਡ ਬਣਾਉਣ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਨਕਦ ਰਹਿਤ ਇਲਾਜ ਦੇ ਲਾਭ ਲੈਣ ਲਈ ਉਤਸ਼ਾਹਿਤ ਕਰਨਾ ਜਾਰੀ ਰੱਖ ਰਹੀ ਹੈ।

ਐਡਵੋਕੇਟ ਐਚ ਐਸ ਫੂਲਕਾ ਭਾਜਪਾ ’ਚ ਸ਼ਾਮਲ

ਨਵੀਂ ਦਿੱਲੀ, 1 ਅਪ੍ਰੈਲ :

ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ.ਐਸ. ਫੂਲਕਾ ਭਾਜਪਾ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਐਡਵੋਕੇਟ ਐਚ ਐਸ ਫੂਲਕਾ ਨੇ 1984 ਦੇ ਸਿੱਖ ਕਤਲੇਆਮ ਦੇ ਕੇਸ ਲੜਦੇ ਆ ਰਹੇ ਹਨ। ਐਚ ਐਸ ਫੂਲਕਾ ਅੱਜ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਭਾਜਪਾ ਵਿੱਚ ਸ਼ਾਮਲ ਹੋਏ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਤੇ ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਉਨ੍ਹਾਂ ਨੂੰ ਭਾਜਪਾ ਵਿਚ ਸ਼ਾਮਲ ਕਰਵਾਇਆ। ਇਸ ਮੌਕੇ ਜਨਰਲ ਸਕੱਤਰ ਤਰੁਣ ਚੁੱਘ, ਭਾਜਪਾ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਵੀ ਮੌਕੇ ਉਤੇ ਮੌਜੂਦ ਸਨ।

ਭਾਜਪਾ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ, ‘ਸਿੱਖ ਧਰਮ ਲਈ ਨਿਆਂ ਦੀ ਲੜਾਈ ਨਿੱਡਰ ਹੋ ਕੇ ਲੜਨ ਵਾਲੇ ਐਡਵੋਕੇਟ ਐਚ ਐਸ ਫੁਲਕਾ ਜੀ, ਜਿੰਨ੍ਹਾਂ ਨੂੰ ਸਿੱਖ ਧਰਮ ਦਾ ਹਰ ਵਿਅਕਤੀ ਸਤਿਕਾਰ ਨਾਲ ਵੇਖਦਾ ਹੈ, ਉਹ ਅੱਜ ਭਾਜਪਾ ਵਿਚ ਸ਼ਾਮਿਲ ਹੋਏ ਹਨ। ਉਨ੍ਹਾਂ ਵਰਗੇ ਉਚੇ ਕਿਰਦਾਰ ਦੀ ਸਿੱਖ ਸਖਸੀਅਤ ਦਾ ਭਾਜਪਾ ਨਾਲ ਜੁੜਨਾ ਦੱਸਦਾ ਹੈ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦੀ ਅਗਵਾਈ ਵਿਚ ਭਾਜਪਾ ਵੱਲੋਂ ਸੱਚੇ ਮਨ ਨਾਲ ਸਿੱਖ ਧਰਮ ਅਤੇ ਸਿੱਖੀ ਲਈ ਕਾਰਜ ਕੀਤੇ ਜਾ ਰਹੇ ਹਨ ਅਤੇ ਸੱਚ ਦੇ ਸਾਹਮਣੇ ਵਿਰੋਧੀਆਂ ਵੱਲੋਂ ਸਿਰਜੇ ਝੂਠ ਦੇ ਭਰਮ ਟੁੱਟ ਰਹੇ ਹਨ। ਐਡਵੋਕੇਟ ਐਚ ਐਸ ਫੁਲਕਾ ਜੀ ਦਾ ਪਾਰਟੀ ਵਿਚ ਸ਼ਾਮਿਲ ਹੋਣ ਤੇ ਦਿਲ ਦੀਆਂ ਗਹਿਰਾਈਆਂ ਵਿਚੋਂ ਸਵਾਗਤ।’

ਵਾਪਸ ਲੈਣ ਦੇ ਕੀਤੇ ਐਲਾਨ ਦੇ ਬਾਵਜੂਦ HP ’ਚ ਵਧੇ ਹੋਏ ਰੇਟਾਂ ਨਾਲ ਕੱਟੀਆਂ ਐਂਟਰੀ ਟੈਕਸ ਦੀਆਂ ਪਰਚੀਆਂ

ਹਿਮਾਚਲ ਪ੍ਰਦੇਸ਼ ਵਿੱਚ ਲਗਾਏ ਜਾਂਦੇ ਐਂਟਰੀ ਟੈਕਸ ਨੂੰ ਲੈ ਕੇ ਪੰਜਾਬ ਦੇ ਲੋਕਾਂ ਵੱਲੋਂ ਹੁਣ ਸੰਘਰਸ਼ ਸ਼ੁਰੂ ਹੋ ਗਿਆ ਹੈ। ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਭਾਵੇਂ ਕੱਲ੍ਹ ਇਹ ਐਲਾਨ ਕਰ ਦਿੱਤਾ ਸੀ ਕਿ ਵਧੇ ਹੋਏ ਐਂਟਰੀ ਟੈਕਸ ਵਾਪਸ ਲੈ ਲਏ ਹਨ, ਪ੍ਰੰਤੂ ਅੱਜ ਐਂਟਰੀ ਪੁਆਇੰਟਾਂ ਉਤੇ ਵਧੇ ਹੋਏ ਐਂਟਰੀ ਟੈਕਸ ਦੀਆਂ ਪਰਚੀਆਂ ਕੱਟੀਆਂ ਗਈਆਂ। ਇਸ ਤੋਂ ਬਾਅਦ ਅੱਜ ਹਿਮਾਚਲ ਪ੍ਰਦੇਸ਼ ਦੀ ਸਰਹੱਦ ਨਾਲ ਲੱਗਦੇ ਪਿੰਡਾਂ ਦੇ ਲੋਕਾਂ ਨੇ ਸੜਕਾਂ ਨੂੰ ਜਾਮ ਕਰ ਦਿੱਤਾ ਹੈ। ਕੀਰਤਪੁਰ ਸਾਹਿਬ-ਮਨਾਲੀ ਰੋਡ ਉਤੇ ਪਿੰਡ ਮੋੜਾ, ਰੂਪਨਗਰ ਨਾਲਾਗੜ੍ਹ ਦੇ ਢੇਰੋਵਾਲ ਉਤੇ ਨੈਸ਼ਨਲ ਹਾਈਵੇ ਉਤੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਲੋਕਾਂ ਦਾ ਕਹਿਣਾ ਹੈ ਕਿ ਹਿਮਾਚਲ ਦੇ ਮੁੱਖ ਮੰਤਰੀ ਵੱਲੋਂ ਐਂਟਰੀ ਟੈਕਸ ਦੇ ਵਾਧੇ ਨੂੰ ਵਾਪਸ ਲੈਣ ਦੇ ਦਿੱਤੇ ਬਿਆਨ ਦੇ ਉਲਟ 70 ਰੁਪਏ ਦੀ ਥਾਂ ਵਸੂਲਿਆ ਜਾ ਰਿਹਾ ਹੈ 170 ਰੁਪਇਆ। ਮੁੱਖ ਮੰਤਰੀ ਇਸ ਸਬੰਧੀ ਸਪਸ਼ਟ ਕਰਨ ਕਿ ਉਹਨਾਂ ਐਲਾਨ ਕੀਤੇ ਗਏ ਬਿਆਨ ਝੂਠੇ ਜਾਂ ਠੇਕੇਦਾਰਾਂ ਵੱਲੋਂ ਕੀਤੀ ਜਾ ਰਹੀ ਮਨਮਾਨੀ।

ਅਟਾਰੀ-ਵਾਹਘਾ ਸਰਹੱਦ ’ਤੇ ਰਿਟ੍ਰੀਟ ਸੈਰੇਮਨੀ ਦਾ ਸਮਾਂ ਬਦਲਿਆ

ਅੰਮ੍ਰਿਤਸਰ, 1 ਅਪ੍ਰੈਲ :

ਭਾਰਤ ਪਾਕਿਸਤਾਨ ਦੀ ਅਟਾਰੀ-ਵਾਹਘਾ ਸਰਹੱਦ ਉਤੇ ਹੋਣ ਵਾਲੀ ਰਿਟ੍ਰੀਟ ਸੈਰੇਮਨੀ ਦਾ ਸਮਾਂ ਬਦਲਿਆ ਗਿਆ ਹੈ। ਅਟਾਰੀ-ਵਾਹਘਾ ਬਾਰਡਰ ਉਤੇ ਹਰ ਰੋਜ਼ ਹੋਣ ਵਾਲੀ ਇਸ ਸੇਰੇਮਨੀ ਨੂੰ ਦੇਖਣ ਲਈ ਵੱਡੀ ਗਿਣਤੀ ਲੋਕ ਪਹੁੰਚਦੇ ਹਨ। ਨਵੇਂ ਸਮੇਂ ਮੁਤਾਬਕ ਹੁਣ ਸ਼ਾਮ 5.30 ਵਜੇ ਤੋਂ ਸ਼ੁਰੂ ਹੋ ਕੇ 6.00 ਵਜੇ ਤੱਕ ਚਲੇਗੀ। ਇਸ ਤੋਂ ਪਹਿਲਾਂ ਰਿਟ੍ਰੀਟ ਸੇਰੇਮਨੀ 5 ਵਜੇ ਤੋਂ ਸ਼ੁਰੂ ਹੋ ਕੇ ਸਾਢੇ 5 ਵਜੇ ਤੱਕ ਚਲਦੀ ਸੀ। ਮੌਸਮ ਵਿੱਚ ਆਈ ਤਬਦੀਲੀ ਕਰਕੇ ਇਹ ਫੈਸਲਾ ਲਿਆ ਗਿਆ ਹੈ। ਨਵਾਂ ਸਮਾਂ ਅੱਜ 1 ਅਪ੍ਰੈਲ ਤੋਂ ਲਾਗੂ ਹੋਵੇਗਾ।

ਏ.ਡੀ.ਸੀ. ਵੱਲੋਂ ਆਰ ਬੀ ਕੰਸਲਟੈਂਟਸੀ ਫਰਮ ਦਾ ਲਾਇਸੰਸ ਰੱਦ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 1 ਅਪ੍ਰੈਲ , 2026:

ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਗੀਤਿਕਾ ਸਿੰਘ ਵੱਲੋਂ ਆਰ ਬੀ ਕੰਸਲਟੈਂਟਸੀ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਆਰ ਬੀ ਕੰਸਲਟੈਂਟਸੀ ਫਰਮ ਸ਼ੋਅਰੂਮ ਨੰਬਰ 84/1 ਤੀਜੀ ਮੰਜ਼ਿਲ ਸ਼ਾਹੀ ਮਾਜਰਾ ਫੇਜ਼-5, ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਸ਼੍ਰੀ ਰਾਜ ਕੁਮਾਰ ਪੁੱਤਰ ਸ਼੍ਰੀ ਸਹਿਦੇਵ ਗੁਪਤਾ ਵਾਸੀ ਪਿੰਡ ਗਲਬਿੰਦਗੜ੍ਹ, ਨੇੜੇ ਮਾੜੀ, ਸਨੇਟਾ, ਤਹਿਸੀਲ ਖਰੜ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਨੰ: 420/ਆਈ ਸੀ ਮਿਤੀ 06.11.2020 ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ ਮਿਤੀ 05.11.2025 ਨੂੰ ਖਤਮ ਹੋ ਚੁੱਕੀ ਹੈ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ, ਲਾਇਸੰਸੀ ਵੱਲੋਂ ਐਕਟ/ਰੂਲਜ਼ ਅਤੇ ਐਡਵਾਈਜ਼ਰੀ ਅਨੁਸਾਰ ਲਾਇਸੰਸ ਰਿਨਿਊ ਨਾ ਕਰਵਾਉਣ ਕਰਕੇ, ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਦੇ ਉਪਬੰਧਾਂ ਦੀ ਉਲੰਘਣਾ ਕੀਤੀ ਗਈ ਹੈ।

ਉਕਤ ਤੱਥਾਂ ਦੇ ਸਨਮੁੱਖ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1) (ਈ) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ, ਆਰ ਬੀ ਕੰਸਲਟੈਂਟਸੀ ਫਰਮ ਨੂੰ ਜਾਰੀ ਲਾਇਸੰਸ ਨੰਬਰ 420/ਆਈ ਸੀ ਮਿਤੀ 06.11.2020 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ।

ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ/ਡਾਇਰੈਕਟਰ/ਪਾਰਟਨਰ/ਲਾਇਸੰਸੀ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ ਜਿੰਮੇਵਾਰ ਹੋਣਗੇ।

ਪੰਜਾਬ

ਦੇਸ਼