Breaking News
ਔਰਤਾਂ ਖਾਤਿਆਂ ‘ਚ ਆਉਣਗੇ 3 ਮਹੀਨਿਆਂ ਦੇ ਪੈਸੇ, ਮੁੱਖ ਮੰਤਰੀ ਨੇ ਕੀਤਾ ਐਲਾਨ

ਚੰਡੀਗੜ੍ਹ, 22 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ

SC ਔਰਤਾਂ ਦੇ ਖਾਤਿਆਂ ‘ਚ ਆਉਣਗੇ 4500 ਰੁਪਏ- CM ਮਾਨ ਮਾਵਾਂ ਧੀਆਂ ਸਤਿਕਾਰ ਯੋਜਨਾ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮਾਵਾਂ-ਧੀਆਂ ਸਤਿਕਾਰ ਯੋਜਨਾ ਲਈ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਯੋਜਨਾ ਤਹਿਤ ਤਿੰਨ ਮਹੀਨਿਆਂ ਦੀ ਸਤਿਕਾਰ ਰਾਸ਼ੀ ਦੀ ਪਹਿਲੀ ਕਿਸ਼ਤ ਪਹਿਲੀ ਜੁਲਾਈ ਨੂੰ ਯੋਗ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਟਰਾਂਸਫਰ ਕਰ ਦਿੱਤੀ ਜਾਵੇਗੀ।  ਮੁੱਖ ਮੰਤਰੀ ਨੇ ਕਿਹਾ ਕਿ ਯੋਜਨਾ ਤਹਿਤ, ਦਲਿਤ ਮਾਵਾਂ ਅਤੇ ਭੈਣਾਂ ਨੂੰ ਤਿੰਨ ਮਹੀਨਿਆਂ ਦੇ 4,500 ਜਦਕਿ ਬਾਕੀ ਸਾਰੀਆਂ ਸ਼੍ਰੇਣੀਆਂ ਦੀਆਂ ਔਰਤਾਂ ਨੂੰ 3,000 ਰੁਪਏ ਮਿਲਣਗੇ। ਮੁੱਖ ਮੰਤਰੀ ਭਗਵੰਤ ਮਾਨ ਫ਼ਤਹਿਗੜ੍ਹ ਸਾਹਿਬ ਹਲਕੇ ਦੇ ਪਿੰਡ ਚਨਾਰਥਲ ਕਲਾਂ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਤੋਂ ਬਾਅਦ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਸੰਬੋਧਨ ਕਰ ਰਹੇ ਸਨ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪਹਿਲਕਦਮੀ ਔਰਤਾਂ ਦੀ ਮਾਣ-ਮਰਿਆਦਾ, ਵਿੱਤੀ ਸੁਰੱਖਿਆ ਅਤੇ ਸਮਾਜਿਕ ਸ਼ਕਤੀਕਰਨ ਯਕੀਨੀ ਬਣਾਉਣ ਲਈ ‘ਆਪ’ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਜਦੋਂ ਤੱਕ ਪੰਜਾਬ ਵਿੱਚ ‘ਆਪ’ ਦੀ ਸਰਕਾਰ ਹੈ, ਇਹ ਸਹਾਇਤਾ ਬਿਨਾਂ ਕਿਸੇ ਅੜਿੱਕੇ ਤੋਂ ਲਗਾਤਾਰ ਜਾਰੀ ਰਹੇਗੀ।ਲੋਕ ਮਿਲਣੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਨੌਂ ਦਿਨਾਂ ਬਾਅਦ, ਪਹਿਲੀ ਜੁਲਾਈ ਨੂੰ, 18 ਸਾਲ ਤੋਂ ਵੱਧ ਉਮਰ ਦੀਆਂ ਮਹਿਲਾ ਲਾਭਪਾਤਰੀਆਂ ਦੇ ਮੋਬਾਈਲ ਫੋਨਾਂ ’ਤੇ ਉਨ੍ਹਾਂ ਦੇ ਖਾਤਿਆਂ ਵਿੱਚ ਵਿੱਤੀ ਸਹਾਇਤਾ ਜਮ੍ਹਾਂ ਹੋਣ ਬਾਰੇ ਨੋਟੀਫਿਕੇਸ਼ਨ ਆ ਜਾਣਗੇ। ਜਨਰਲ ਵਰਗ ਨਾਲ ਸਬੰਧਤ ਔਰਤਾਂ ਨੂੰ 1,000 ਜਦਕਿ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1,500 ਰੁਪਏ ਮਹੀਨਾ ਮਿਲਣਗੇ। ਇਹ ਪੈਸਾ ਬਿਨਾਂ ਕਿਸੇ ਵਿਚੋਲੇ ਦੇ ਸਿੱਧਾ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤਾ ਜਾਵੇਗਾ। ਜੋ ਔਰਤਾਂ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨਾਂ ਲੈ ਰਹੀਆਂ ਹਨ, ਉਹ ਵੀ ਇਸ ਯੋਜਨਾ ਦੇ ਯੋਗ ਹੋਣਗੀਆਂ। ਪੰਜਾਬ ਦੀਆਂ ਲਗਪਗ ਸਤਾਨਵੇਂ  ਫ਼ੀਸਦ ਔਰਤਾਂ ਨੂੰ ਇਸ ਯੋਜਨਾ ਦਾ ਲਾਭ ਮਿਲਣ ਦੀ ਆਸ ਹੈ ਅਤੇ ਸਰਕਾਰ ਨੇ ਇਸ ਲਈ 9,300 ਕਰੋੜ ਰੁਪਏ ਦਾ ਬਜਟ ਰੱਖਿਆ ਹੈ।”

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ : ਅੱਜ ਦਾ ਹੁਕਮਨਾਮਾ

ਮੁੱਖਵਾਕ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ

22-06-2026

ਸਲੋਕੁ ਮਃ ੩ ॥

ਗੁਰਮੁਖਿ ਸੇਵ ਨ ਕੀਨੀਆ ਹਰਿ ਨਾਮਿ ਨ ਲਗੋ ਪਿਆਰੁ ॥ ਸਬਦੈ ਸਾਦੁ ਨ ਆਇਓ ਮਰਿ ਜਨਮੈ ਵਾਰੋ ਵਾਰ ॥ ਮਨਮੁਖਿ ਅੰਧੁ ਨ ਚੇਤਈ ਕਿਤੁ ਆਇਆ ਸੈਸਾਰਿ ॥ ਨਾਨਕ ਜਿਨ ਕਉ ਨਦਰਿ ਕਰੇ ਸੇ ਗੁਰਮੁਖਿ ਲੰਘੇ ਪਾਰਿ ॥੧॥ ਮਃ ੩ ॥ ਇਕੋ ਸਤਿਗੁਰੁ ਜਾਗਤਾ ਹੋਰੁ ਜਗੁ ਸੂਤਾ ਮੋਹਿ ਪਿਆਸਿ ॥ ਸਤਿਗੁਰੁ ਸੇਵਨਿ ਜਾਗੰਨਿ ਸੇ ਜੋ ਰਤੇ ਸਚਿ ਨਾਮਿ ਗੁਣਤਾਸਿ ॥ ਮਨਮੁਖਿ ਅੰਧ ਨ ਚੇਤਨੀ ਜਨਮਿ ਮਰਿ ਹੋਹਿ ਬਿਨਾਸਿ ॥ ਨਾਨਕ ਗੁਰਮੁਖਿ ਤਿਨੀ ਨਾਮੁ ਧਿਆਇਆ ਜਿਨ ਕੰਉ ਧੁਰਿ ਪੂਰਬਿ ਲਿਖਿਆਸਿ ॥੨॥ ਪਉੜੀ॥ਹਰਿ ਨਾਮੁ ਹਮਾਰਾ ਭੋਜਨੁ ਛਤੀਹ ਪਰਕਾਰ ਜਿਤੁ ਖਾਇਐ ਹਮ ਕਉ ਤ੍ਰਿਪਤਿ ਭਈ ॥ ਹਰਿ ਨਾਮੁ ਹਮਾਰਾ ਪੈਨਣੁ ਜਿਤੁ ਫਿਰਿ ਨੰਗੇ ਨ ਹੋਵਹ ਹੋਰ ਪੈਨਣ ਕੀ ਹਮਾਰੀ ਸਰਧ ਗਈ ॥ ਹਰਿ ਨਾਮੁ ਹਮਾਰਾ ਵਣਜੁ ਹਰਿ ਨਾਮੁ ਵਾਪਾਰੁ ਹਰਿ ਨਾਮੈ ਕੀ ਹਮ ਕੰਉ ਸਤਿਗੁਰਿ ਕਾਰਕੁਨੀ ਦੀਈ ॥ ਹਰਿ ਨਾਮੈ ਕਾ ਹਮ ਲੇਖਾ ਲਿਖਿਆ ਸਭ ਜਮ ਕੀ ਅਗਲੀ ਕਾਣਿ ਗਈ ॥ ਹਰਿ ਕਾ ਨਾਮੁ ਗੁਰਮੁਖਿ ਕਿਨੈ ਵਿਰਲੈ ਧਿਆਇਆ ਜਿਨ ਕੰਉ ਧੁਰਿ ਕਰਮਿ ਪਰਾਪਤਿ ਲਿਖਤੁ ਪਈ ॥੧੭॥

ਸੋਮਵਾਰ, ੮ ਹਾੜ (ਸੰਮਤ ੫੫੮ ਨਾਨਕਸ਼ਾਹੀ)(ਅੰਗ: ੫੯੨)

ਪੰਜਾਬੀ ਵਿਆਖਿਆ

ਅੰਨ੍ਹੇ ਮਨਮੁਖ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾ ਸੇਵਾ ਕੀਤੀ, ਨਾ ਪਰਮਾਤਮਾ ਦੇ ਨਾਮ ਵਿਚ ਉਸ ਦਾ ਪਿਆਰ ਹੀ ਲੱਗਾ, ਸ਼ਬਦ ਵਿਚ ਰਸ ਭੀ ਨਾ ਆਇਆ, (ਤਾਹੀਏਂ) ਘੜੀ ਮੁੜੀ ਜੰਮਦਾ ਮਰਦਾ ਹੈ; ਜੇ ਅੰਨ੍ਹਾ ਮਨਮੁਖ ਹਰੀ ਨੂੰ ਯਾਦ ਨਹੀਂ ਕਰਦਾ ਤਾਂ ਸੰਸਾਰ ਵਿਚ ਆਉਣ ਦਾ ਕੀਹ ਲਾਭ (ਉਸ ਨੇ ਖੱਟਿਆ)? ਹੇ ਨਾਨਕ! ਜਿਨ੍ਹਾਂ ਮਨੁੱਖਾਂ ਤੇ ਮੇਹਰ ਦੀ ਨਜ਼ਰ ਕਰਦਾ ਹੈ, ਉਹ ਸਤਿਗੁਰੂ ਦੇ ਸਨਮੁਖ ਹੋ ਕੇ (ਸੰਸਾਰ ਸਾਗਰ ਤੋਂ) ਪਾਰ ਉਤਰਦੇ ਹਨ ।੧। ਇਕ ਸਤਿਗੁਰੂ ਹੀ ਸੁਚੇਤ ਹੈ, ਹੋਰ ਸਾਰਾ ਸੰਸਾਰ (ਮਾਇਆ ਦੇ) ਮੋਹ ਵਿਚ ਤੇ ਤਿ੍ਰਸ਼ਨਾ ਵਿਚ ਸੁੱਤਾ ਹੋਇਆ ਹੈ; ਜੋ ਮਨੁੱਖ ਸਤਿਗੁਰੂ ਦੀ ਸੇਵਾ ਕਰਦੇ ਹਨ ਤੇ ਗੁਣਾਂ ਦੇ ਖ਼ਜ਼ਾਨੇ ਸੱਚੇ ਨਾਮ ਵਿਚ ਰੱਤੇ ਹੋਏ ਹਨ, (ਉਹ) ਜਾਗਦੇ ਹਨ । ਅੰਨ੍ਹੇ ਮਨਮੁਖ ਹਰੀ ਨੂੰ ਸਿਮਰਦੇ ਨਹੀਂ, ਜਨਮ ਮਰਨ ਦੇ ਗੇੜ ਵਿਚ ਪੈ ਕੇ ਤਬਾਹ ਹੋ ਰਹੇ ਹਨ; ਹੇ ਨਾਨਕ! ਗੁਰੂ ਦੇ ਸਨਮੁਖ ਹੋ ਕੇ ਉਹਨਾਂ ਨੇ ਨਾਮ ਸਿਮਰਿਆ ਹੈ, ਜਿਨ੍ਹਾਂ ਦੇ ਹਿਰਦੇ ਵਿਚ ਧੁਰ ਮੁੱਢ ਤੋਂ (ਕੀਤੇ ਭਲੇ ਕੰਮਾਂ ਦੇ ਸੰਸਕਾਰਾਂ ਅਨੁਸਾਰ ਲੇਖ) ਲਿਖਿਆ ਪਿਆ ਹੈ ।੨। ਹਰੀ ਦਾ ਨਾਮ ਸਾਡਾ ਛੱਤੀ (੩੬) ਤਰ੍ਹਾਂ ਦਾ (ਭਾਵ, ਕਈ ਸੁਆਦਾਂ ਵਾਲਾ) ਭੋਜਨ ਹੈ, ਜਿਸ ਨੂੰ ਖਾ ਕੇ ਅਸੀ ਰੱਜ ਗਏ ਹਾਂ (ਭਾਵ, ਮਾਇਕ ਪਦਾਰਥਾਂ ਵਲੋਂ ਤਿ੍ਰਪਤ ਹੋ ਗਏ ਹਾਂ) ਹਰੀ ਦਾ ਨਾਮ ਹੀ ਸਾਡੀ ਪੁਸ਼ਾਕ ਹੈ ਜਿਸ ਨੂੰ ਪਹਿਨ ਕੇ ਕਦੇ ਬੇ-ਪੜਦਾ ਨਾਹ ਹੋਵਾਂਗੇ, ਤੇ ਹੋਰ (ਸੁੰਦਰ) ਪੁਸ਼ਾਕਾਂ ਪਾਉਣ ਦੀ ਸਾਡੀ ਚਾਹ ਦੂਰ ਹੋ ਗਈ ਹੈ । ਹਰੀ ਦਾ ਨਾਮ ਸਾਡਾ ਵਣਜ, ਨਾਮ ਹੀ ਸਾਡਾ ਵਪਾਰ ਹੈ ਤੇ ਸਤਿਗੁਰੂ ਨੇ ਸਾਨੂੰ ਨਾਮ ਦੀ ਹੀ ਮੁਖ਼ਤਿਆਰੀ ਦਿੱਤੀ ਹੈ; ਹਰੀ ਦੇ ਨਾਮ ਦਾ ਹੀ ਅਸਾਂ ਲੇਖਾ ਲਿਖਿਆ ਹੈ, (ਜਿਸ ਲੇਖੇ ਕਰ ਕੇ) ਜਮ ਦੀ ਪਹਿਲੀ ਖ਼ੁਸ਼ਾਮਦ ਦੂਰ ਹੋ ਗਈ ਹੈ । ਪਰ ਕਿਸੇ ਵਿਰਲੇ ਗੁਰਮੁਖ ਨੇ ਨਾਮ ਸਿਮਰਿਆ ਹੈ (ਉਹੀ ਸਿਮਰਦੇ ਹਨ) ਜਿਨ੍ਹਾਂ ਨੂੰ ਧੁਰੋਂ ਬਖ਼ਸ਼ਸ਼ ਦੀ ਰਾਹੀਂ (ਪਿਛਲੇ ਕੀਤੇ ਕੰਮਾਂ ਦੇ ਸੰਸਕਾਰਾਂ ਅਨੁਸਾਰ ਉੱਕਰੇ ਹੋਏ) ਲੇਖ ਦੀ ਪਰਾਪਤੀ ਹੋਈ ਹੈ ।੧੭।

English Translation

SHALOK, THIRD MEHL:

One who does not serve the Guru as Gurmukh, who does not love the Lord’s Name, and who does not savor the taste of the Shabad, shall die, and be reborn, over and over again. The blind, self-willed manmukh does not think of the Lord; why did he even come into the world? O Nanak, that Gurmukh, upon whom the Lord casts His Glance of Grace, crosses over the world-ocean. || 1 || THIRD MEHL: Only the Guru is awake; the rest of the world is asleep in emotional attachment and desire. Those who serve the True Guru and remain wakeful, are imbued with the True Name, the treasure of virtue. The blind, self-willed manmukhs do not think of the Lord; they are ruined through birth and death. O Nanak, the Gurmukhs meditate on the Naam, the Name of the Lord; this is their destiny, pre-ordained by the Primal Lord God. || 2 || PAUREE: The Lord’s Name is my food; eating the thirty-six varieties of it, I am satisfied and satiated. The Lord’s Name is my clothing; wearing it, I shall never be naked again, and my desire to wear other clothing is gone. The Lord’s Name is my business, the Lord’s Name is my commerce; the True Guru has blessed me with its use. I record the account of the Lord’s Name, and I shall not be subject to death again. Only a few, as Gurmukh, meditate on the Lord’s Name; they are blessed by the Lord, and receive their pre-ordained destiny. || 17 ||Monday, 8th Assaar (Samvat 558 Nanakshahi)(Ang: 592)

ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ ਹੁਸ਼ਿਆਰਪੁਰ, ਨਗਰ ਕੌਂਸਲ ਗੁਰੂ ਹਰ ਸਹਾਏ, ਨਗਰ ਕੌਂਸਲ ਜਲਾਲਾਬਾਦ ਅਤੇ ਨਗਰ ਪੰਚਾਇਤ, ਮਮਦੋਟ ਦੇ ਮੈਂਬਰਾਂ ਦੀ ਚੋਣਾਂ ਕਰਵਾਉਣ ਸਬੰਧੀ ਸ਼ਡਿਊਲ ਦਾ ਐਲਾਨ

ਚੰਡੀਗੜ੍ਹ 20 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਰਾਜ ਚੋਣ ਕਮਿਸ਼ਨ, ਪੰਜਾਬ ਹੇਠ ਲਿਖੀਆਂ ਨਗਰ ਨਿਗਮਾਂ ਦੀਆਂ ਆਮ ਚੋਣਾਂ ਕਰਵਾਉਣ ਲਈ ਸ਼ਡਿਊਲ ਦਾ ਐਲਾਨ ਕਰਦਾ ਹੈ:

1) ਨਗਰ ਨਿਗਮ, ਹੁਸ਼ਿਆਰਪੁਰ (ਜ਼ਿਲ੍ਹਾ ਹੁਸ਼ਿਆਰਪੁਰ),

2) ਨਗਰ ਕੌਂਸਲ, ਗੁਰੂ ਹਰ ਸਹਾਏ, (ਜ਼ਿਲ੍ਹਾ ਫਿਰੋਜ਼ਪੁਰ),

3) ਨਗਰ ਕੌਂਸਲ, ਜਲਾਲਾਬਾਦ (ਜ਼ਿਲ੍ਹਾ ਫਾਜ਼ਿਲਕਾ) ਅਤੇ

4) ਨਗਰ ਪੰਚਾਇਤ, ਮਮਦੋਟ (ਜ਼ਿਲ੍ਹਾ ਫਿਰੋਜ਼ਪੁਰ)।

ਚੋਣ ਸ਼ਡਿਊਲ ਦੇ ਅਨੁਸਾਰ, ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਮਿਆਦ 22.06.2026 (ਸੋਮਵਾਰ) (ਸਵੇਰੇ 11:00 ਵਜੇ ਤੋਂ ਦੁਪਹਿਰ 03:00 ਵਜੇ ਤੱਕ) ਅਤੇ ਇਸ ਸਬੰਧੀ ਪ੍ਰਕਿਰਿਆ  ਸਬੰਧਤ ਰਿਟਰਨਿੰਗ ਅਫਸਰ ਦੇ ਦਫ਼ਤਰ ਵਿੱਚ ਸ਼ੁਰੂ ਹੋਵੇਗੀ। ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 25.06.2026 (ਵੀਰਵਾਰ) (ਸ਼ਾਮ 03:00 ਵਜੇ ਤੱਕ) ਹੋਵੇਗੀ। ਨਾਮਜ਼ਦਗੀਆਂ ਦੀ ਜਾਂਚ 26.06.2026 (ਸ਼ੁੱਕਰਵਾਰ) ਨੂੰ ਹੋਵੇਗੀ। ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 27.06.2026 (ਸ਼ਨਿਚਰਵਾਰ) ਦੁਪਹਿਰ 3:00 ਵਜੇ ਤੱਕ ਹੋਵੇਗੀ। ਇਨ੍ਹਾਂ ਨਗਰ ਨਿਗਮਾਂ ਵਿੱਚ 5.7.2026 (ਐਤਵਾਰ) ਨੂੰ ਸਵੇਰੇ 08:00 ਵਜੇ ਤੋਂ ਸ਼ਾਮ 4:00 ਵਜੇ ਤੱਕ ਵੋਟਾਂ ਪੈਣਗੀਆਂ। ਵੋਟਿੰਗ ਈ.ਵੀ.ਐਮ. ਰਾਹੀਂ ਕੀਤੀ ਜਾਵੇਗੀ। ਵੋਟਾਂ ਦੀ ਗਿਣਤੀ ਵੋਟਿੰਗ ਪੂਰੀ ਹੋਣ ਤੋਂ ਤੁਰੰਤ ਬਾਅਦ ਉਸੇ ਦਿਨ ਪੋਲਿੰਗ ਸਟੇਸ਼ਨ ’ਤੇ ਹੀ ਹੋਵੇਗੀ।

ਕਮਿਸ਼ਨ ਵੱਲੋਂ ਇਨ੍ਹਾਂ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਸਾਰੇ ਪ੍ਰਬੰਧ ਕੀਤੇ ਹਨ।

ਚੋਣ ਸ਼ਡਿਊਲ ਦੇ ਐਲਾਨ ਦੇ ਨਾਲ ਨਗਰ ਕੌਂਸਲਾਂ ਦੇ ਅਧਿਕਾਰ ਖੇਤਰ ਵਿੱਚ ਜਿੱਥੇ ਚੋਣਾਂ ਹੋਣ ਜਾ ਰਹੀਆਂ ਹਨ, ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ। ਇਹ ਚੋਣ ਪ੍ਰਕਿਰਿਆ ਦੇ ਪੂਰਾ ਹੋਣ ਤੱਕ ਲਾਗੂ ਰਹੇਗਾ।

ਪੰਜਾਬ ਸਰਕਾਰ ਵੱਲੋਂ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ PSPCL ਵਿੱਚ ਸਹਾਇਕ ਲਾਈਨਮੈਨ ਵਜੋਂ ਭਰਤੀ ਕਰਨ ਦਾ ਫੈਸਲਾ : ਵਿੱਤ ਮੰਤਰੀ ਚੀਮਾ

ਚੰਡੀਗੜ੍ਹ, 20 ਜੂਨ 2026, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਵਿੱਚ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ ਸਹਾਇਕ ਲਾਈਨਮੈਨ (ਏਐਲਐਮ) ਵਜੋਂ ਭਰਤੀ ਕਰਨ ਦਾ ਫੈਸਲਾ ਕੀਤਾ ਹੈ। ਇਹ ਐਲਾਨ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ।

ਇਹ ਫੈਸਲੇ ਨਾਲ ਅਪ੍ਰੈਂਟਿਸ ਟ੍ਰੇਨੀਜ਼ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋਵੇਗੀ, ਤੇ ਇਹ ਕਦਮ ਰੋਜ਼ਗਾਰ ਪੈਦਾ ਕਰਨ ਅਤੇ ਨੌਜਵਾਨ ਭਲਾਈ ਪ੍ਰਤੀ ਰਾਜ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਮੁੱਖ ਮੰਤਰੀ ਨੇ ਪੰਜਾਬ ਸਰਕਾਰ ਦੇ ਵਿਭਾਗਾਂ ਵਿੱਚ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਦੇਣ ਲਈ ਮਿਸ਼ਨਰੀ ਪਹੁੰਚ ਅਪਣਾਈ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੀਐਸਪੀਸੀਐਲ ਦੇ ਬੋਰਡ ਆਫ਼ ਡਾਇਰੈਕਟਜ਼ ਨੇ ਪੰਜਾਬ ਦੇ ਐਡਵੋਕੇਟ ਜਨਰਲ ਦੀ ਸਲਾਹ ‘ਤੇ ਵਿਚਾਰ ਕਰਦਿਆਂ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ ਸਹਾਇਕ ਲਾਈਨਮੈਨ (ਏਐਲਐਮ) ਵਜੋਂ ਭਰਤੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਦੱਸਣਯੋਗ ਹੈ ਕਿ ਇਹ ਟ੍ਰੇਨੀਜ਼ ਇਸ ਸਮੇਂ ਪੀਐਸਪੀਸੀਐਲ ਅਤੇ ਪੰਜਾਬ ਸਟੇਟ ਟ੍ਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀਐਸਟੀਸੀਐਲ) ਵਿੱਚ ਲਾਈਨਮੈਨ ਟਰੇਡ ਵਿੱਚ ਅਪ੍ਰੈਂਟਿਸਸ਼ਿਪ ਟ੍ਰੇਨਿੰਗ ਲੈ ਰਹੇ ਹਨ।

ਉਨ੍ਹਾਂ ਅੱਗੇ ਕਿਹਾ ਕਿ ਪੀਐਸਪੀਸੀਐਲ ਉਕਤ ਟ੍ਰੇਨੀਜ਼ ਲਈ ਇੱਕ ਵਾਰ ਦੀ ਛੋਟ ਵਜੋਂ ਪੰਜਾਬੀ ਭਾਸ਼ਾ ਦੀ ਲਾਜ਼ਮੀ ਪ੍ਰੀਖਿਆ ਕਰਵਾਏਗਾ। ਪ੍ਰੀਖਿਆ ਸ਼ਡਿਊਲ ਬਾਰੇ ਸਮੇਂ ਸਿਰ ਪੀਐਸਪੀਸੀਐਲ ਦੀ ਅਧਿਕਾਰਤ ਵੈੱਬਸਾਈਟ ‘ਤੇ ਸੂਚਿਤ ਕੀਤਾ ਜਾਵੇਗਾ, ਜਿਸ ਤੋਂ ਬਾਅਦ ਇਸ ਪ੍ਰਕਿਰਿਆ ਨੂੰ ਅੱਗੇ ਵਧਾਇਆ ਜਾਵੇਗਾ।

ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਮੰਨਣਾ ਹੈ ਕਿ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਢੰਗ ਨਾਲ ਰਾਸ਼ਟਰ ਨਿਰਮਾਣ ਵੱਲ ਲਾਉਣ ਅਤੇ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਲਈ ਉਨ੍ਹਾਂ ਨੂੰ ਲਾਹੇਵੰਦ ਰੋਜ਼ਗਾਰ ਦੇਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਮੌਜੂਦਾ ਸਰਕਾਰ ਦੇ ਨਿਰੰਤਰ ਯਤਨਾਂ ਸਦਕਾ ਅਪ੍ਰੈਲ 2022 ਤੋਂ ਪੀਐਸਪੀਸੀਐਲ ਅਤੇ ਪੀਐਸਟੀਸੀਐਲ ਵਿੱਚ ਕੁੱਲ 9,627 ਭਰਤੀਆਂ ਕੀਤੀਆਂ ਗਈਆਂ ਹਨ।

ਵੇਰਵੇ ਦਿੰਦਿਆਂ ਉਨ੍ਹਾਂ ਕਿਹਾ ਕਿ ਕੁੱਲ 9,627 ਭਰਤੀਆਂ ਵਿੱਚੋਂ 8,048 ਸਿੱਧੀ ਭਰਤੀ ਰਾਹੀਂ ਅਤੇ 1,579 ਤਰਸ ਦੇ ਆਧਾਰ ‘ਤੇ ਕੀਤੀਆਂ ਗਈਆਂ ਸਨ। ਉਨ੍ਹਾਂ ਦੱਸਿਆ ਕਿ ਇਸ ਸਾਲ ਦੇ ਸ਼ੁਰੂ ਵਿੱਚ ਮਾਨਯੋਗ ਮੁੱਖ ਮੰਤਰੀ ਵੱਲੋਂ ਵੱਖ-ਵੱਖ ਸ਼੍ਰੇਣੀਆਂ ਨਾਲ ਸਬੰਧਤ 570 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਸਨ। ਲਗਭਗ 3,000 ਵਾਧੂ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਇਸ ਸਮੇਂ ਚੱਲ ਰਹੀ ਹੈ, ਜਿਸਦੇ ਨਵੰਬਰ 2026 ਤੱਕ ਪੂਰਾ ਹੋਣ ਦੀ ਉਮੀਦ ਹੈ।

ਇਸ ਮੌਕੇ ਪ੍ਰਸ਼ਾਸਕੀ ਸਕੱਤਰ, ਬਿਜਲੀ-ਕਮ-ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ , ਪੀਐਸਪੀਸੀਐਲ ਡਾ. ਬਸੰਤ ਗਰਗ ਵੀ ਮੌਜੂਦ ਸਨ।

ਲੁਧਿਆਣਾ ਵਿਖੇ ਬੈਂਕ ’ਚ ਲੱਗੀ ਭਿਆਨਕ ਅੱਗ, ਸੜ ਕੇ ਸੁਆਹ ਹੋਇਆ ਰਿਕਾਰਡ

ਲੁਧਿਆਣਾ, 20 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ ;

ਲੁਧਿਆਣਾ ਦੇ ਹੈਬੋਵਾਲ ਖੇਤਰ ਵਿੱਚ ਬੈਂਕ ‘’ਚ ਭਿਆਨਕ ਅੱਗ ਲੱਗਣ ਕਾਰਨ ਸਾਰਾ ਰਿਕਾਰਡ ਰਿਕਾਰਡ ਸੜ ਕੇ ਸੁਆਹ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਕੈਨਰਾ ਬੈਂਕ ਵਿੱਚ ਸਵੇਰੇ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ। ਐਨੀ ਭਿਆਨਕ ਸੀ ਮਿੰਟਾਂ ਵਿੱਚ ਹੀ ਬੈਂਕ ਦਾ ਸਰਵਰ ਰੂਮ ਅਤੇ ਰਿਕਾਰਡ ਰੂਪ ਇਸਦੀ ਲਪੇਟ ਵਿੱਚ ਆ ਗਿਆ, ਜਿਸ ਕਾਰਨ ਸਾਰਾ ਰਿਕਾਰਡ ਸੜ ਕੇ ਰਾਖ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਇਕ ਰਾਹਗੀਰ ਨੇ ਬੈਂਕ ਵਿਚੋਂ ਧੂੰਆਂ ਨਿਕਲਦਿਆ ਦੇਖਿਆ। ਉਸ ਨੇ ਤੁਰੰਤ ਇਸ ਸਬੰਧੀ ਜਾਣਕਾਰੀ ਆਸਪਾਸ ਦੇ ਲੋਕਾਂ ਨੂੰ ਦਿੱਤੀ। ਪਹਿਲਾਂ ਦਾ ਲੋਕਾਂ ਨੇ ਆਪਣੇ ਪੱਧਰ ਉਤੇ ਅੱਗ ਬੁਝਾਉਣ ਦਾ ਯਤਨ ਕੀਤਾ, ਪ੍ਰੰਤੂ ਅੱਗ ਵਧਦੀ ਜਾ ਰਹੀ ਸੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਫਾਇਰ ਬਿਗ੍ਰੇਡ ਦੀਆਂ ਗੱਡੀਆਂ ਵੀ ਮੌਕੇ ਉਤੇ ਪਹੁੰਚ ਗਈਆਂ। ਫਾਇਰ ਬਿਗ੍ਰੇਡ ਦੀਆਂ ਗੱਡੀਆਂ ਨੇ ਬੜੀ ਮੁਸ਼ਕਲ ਨਾਲ ਅੱਗ ਉਤੇ ਕਾਬੂ ਪਾਇਆ। ਦੱਸਿਆ ਜਾ ਰਿਹਾ ਹੈ ਕਿ ਸ਼ਾਰਟ ਸਰਕਟ ਕਾਰਨ ਅੱਗ ਲੱਗੀ ਹੋ ਸਕਦੀ ਹੈ।

ਮੋਹਾਲੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਫੇਕ ਵੀਡੀਓ ਵਾਇਰਲ ਕਰਨ ਦੇ ਵਿਰੋਧ ਵਿੱਚ ‘ਆਪ’ ਵੱਲੋਂ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ

ਮੋਹਾਲੀ, 20 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦੀ ਫੇਕ ਵੀਡੀਓ ਨੂੰ ਗਲਤ ਢੰਗ ਨਾਲ ਵਾਇਰਲ ਕਰਨ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਵੱਲੋਂ ਅੱਜ ਚਾਵਲਾ ਲਾਈਟ ਪੁਆਇੰਟ, ਫੇਜ਼-7, ਮੋਹਾਲੀ ਵਿਖੇ ਸ਼੍ਰੋਮਣੀ ਅਕਾਲੀ ਦਲ ਖ਼ਿਲਾਫ਼ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਗਿਆ।

ਇਸ ਰੋਸ ਪ੍ਰਦਰਸ਼ਨ ਵਿੱਚ ਪਾਰਟੀ ਦੀ ਸੂਬਾ ਲੀਡਰਸ਼ਿਪ, ਜ਼ਿਲ੍ਹਾ ਲੀਡਰਸ਼ਿਪ, ਮੋਹਾਲੀ, ਖਰੜ ਅਤੇ ਡੇਰਾਬੱਸੀ ਹਲਕਿਆਂ ਦੇ ਸੀਨੀਅਰ ਆਗੂਆਂ, ਕੌਂਸਲਰਾਂ, ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ, ਵਰਕਰਾਂ ਅਤੇ ਵੱਡੀ ਗਿਣਤੀ ਵਿੱਚ ਆਮ ਨਾਗਰਿਕਾਂ ਨੇ ਸ਼ਮੂਲੀਅਤ ਕੀਤੀ। ਆਗੂਆਂ ਨੇ ਇੱਕ ਸੁਰ ਵਿੱਚ ਕਿਹਾ ਕਿ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਖ਼ਿਲਾਫ਼ ਕਿਸੇ ਵੀ ਸਾਜ਼ਿਸ਼ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਜਿਹੀਆਂ ਕੋਸ਼ਿਸ਼ਾਂ ਦਾ ਲੋਕਤੰਤਰਕ ਤਰੀਕੇ ਨਾਲ ਡਟ ਕੇ ਵਿਰੋਧ ਕੀਤਾ ਜਾਵੇਗਾ।

ਰੋਸ ਪ੍ਰਦਰਸ਼ਨ ਦੌਰਾਨ ਵਰਕਰਾਂ ਨੇ “ਸਿੱਖਾਂ ਦਾ ਕਾਤਲ ਬਾਦਲ ਪਰਿਵਾਰ”, “ਪੰਥ ਵਿਰੋਧੀ ਸੁਖਬੀਰ ਬਾਦਲ ਮੁਰਦਾਬਾਦ” ਅਤੇ ਹੋਰ ਨਾਅਰਿਆਂ ਰਾਹੀਂ ਆਪਣਾ ਰੋਸ ਪ੍ਰਗਟਾਇਆ। ਆਗੂਆਂ ਨੇ ਕਿਹਾ ਕਿ ਪੰਜਾਬ ਦੇ ਲੋਕ ਝੂਠ ਅਤੇ ਫੇਕ ਪ੍ਰਚਾਰ ਦੀ ਰਾਜਨੀਤੀ ਨੂੰ ਕਦੇ ਵੀ ਕਬੂਲ ਨਹੀਂ ਕਰਨਗੇ ਅਤੇ ਸੱਚਾਈ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਵਾਲਿਆਂ ਨੂੰ ਲੋਕ ਮੂੰਹਤੋੜ ਜਵਾਬ ਦੇਣਗੇ।

ਇਸ ਮੌਕੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਦੀ ਫੇਕ ਵੀਡੀਓ ਵਾਇਰਲ ਕਰਨ ਪਿੱਛੇ ਜੋ ਵੀ ਸਾਜ਼ਿਸ਼ ਅਤੇ ਏਜੰਡਾ ਹੈ, ਉਸ ਦੀ ਪੂਰੀ ਜਾਂਚ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਜੋ ਵੀ ਵਿਅਕਤੀ ਜਾਂ ਤਾਕਤ ਇਸ ਸਾਜ਼ਿਸ਼ ਵਿੱਚ ਸ਼ਾਮਲ ਪਾਈ ਗਈ, ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਵਿੱਚ ਨਫ਼ਰਤ, ਭਰਮ ਅਤੇ ਝੂਠ ਫੈਲਾਉਣ ਦੀਆਂ ਕੋਸ਼ਿਸ਼ਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸ਼ਾਂਤੀ, ਭਾਈਚਾਰਕ ਸਾਂਝ ਅਤੇ ਲੋਕਤੰਤਰਕ ਕਦਰਾਂ-ਕੀਮਤਾਂ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਕਾਨੂੰਨ ਦੇ ਘੇਰੇ ਵਿੱਚ ਲਿਆਂਦਾ ਜਾਵੇਗਾ।

ਇਸ ਮੌਕੇ ਹਰਪਾਲ ਸਿੰਘ ਚੀਮਾ (ਵਿੱਤ ਮੰਤਰੀ, ਪੰਜਾਬ), ਡਾ. ਸੰਨੀ ਆਹਲੂਵਾਲੀਆ (ਸਟੇਟ ਸੈਕਟਰੀ), ਪ੍ਰਭਜੋਤ ਕੌਰ (ਜ਼ਿਲ੍ਹਾ ਪ੍ਰਧਾਨ, ਮੋਹਾਲੀ), ਸੁਭਾਸ਼ ਸ਼ਰਮਾ (ਸੀਨੀਅਰ ਵਾਈਸ ਚੇਅਰਮੈਨ, ਵਾਟਰ ਸਪਲਾਈ ਅਤੇ ਸੀਵਰੇਜ ਬੋਰਡ), ਸਰਬਜੀਤ ਸਿੰਘ (ਮੇਅਰ, ਮੋਹਾਲੀ), ਹਰਪਾਲ ਸਿੰਘ ਚੰਨਾ (ਡਿਪਟੀ ਮੇਅਰ), ਆਰ.ਪੀ. ਸ਼ਰਮਾ (ਸੀਨੀਅਰ ਡਿਪਟੀ ਮੇਅਰ), ਪਰਮਿੰਦਰ ਸਿੰਘ ਗੋਲਡੀ (ਚੇਅਰਮੈਨ, ਪੰਜਾਬ ਯੂਥ ਡਿਵੈਲਪਮੈਂਟ ਬੋਰਡ), ਗੋਵਿੰਦਰ ਮਿੱਤਲ (ਬੁਲਾਰੇ), ਗੁਰਪ੍ਰੀਤ ਸਿੰਘ ਵਿਰਕ (ਡਾਇਰੈਕਟਰ, ਪੀ.ਆਰ.ਟੀ.ਸੀ.), ਸੁਖਵਿੰਦਰ ਸਿੰਘ ਬਿੱਟੂ (ਚੇਅਰਮੈਨ, ਮਾਰਕੀਟ ਕਮੇਟੀ ਖਰੜ), ਦਿਲਬਾਗ ਸਿੰਘ (ਬਲਾਕ ਸਮਿਤੀ ਮੈਂਬਰ), ਜਸਪਾਲ ਸਿੰਘ (ਜ਼ਿਲ੍ਹਾ ਮੀਡੀਆ ਇੰਚਾਰਜ), ਬਲਜੀਤ ਸਿੰਘ (ਮੀਡੀਆ ਇੰਚਾਰਜ) ਅਤੇ ਰਾਜ ਕੁਮਾਰ (ਬੁਲਾਰੇ) ਸਮੇਤ ਹੋਰ ਆਗੂ ਮੌਜੂਦ ਸਨ।

ਵਿਧਵਾ ਅਤੇ ਨਿਆਸ਼ਰਿਤ ਮਹਿਲਾਵਾਂ ਲਈ ਪੰਜਾਬ ਸਰਕਾਰ ਦਾ ਵੱਡਾ ਸਹਾਰਾ; 305 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਜਾਰੀ : ਡਾ. ਬਲਜੀਤ ਕੌਰ

ਚੰਡੀਗੜ੍ਹ, 20 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਜਦੋਂ ਕਿਸੇ ਪਰਿਵਾਰ ਦਾ ਕਮਾਉਣ ਵਾਲਾ ਮੈਂਬਰ ਸਾਥ ਛੱਡ ਜਾਂਦਾ ਹੈ ਤਾਂ ਮਹਿਲਾਵਾਂ ਨੂੰ ਅਕਸਰ ਸਭ ਤੋਂ ਵੱਧ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹੇ ਸਮੇਂ ਵਿੱਚ ਪੰਜਾਬ ਸਰਕਾਰ ਦੀ ਵਿਧਵਾ ਅਤੇ ਨਿਆਸ਼ਰਿਤ ਮਹਿਲਾਵਾਂ ਲਈ ਪੈਨਸ਼ਨ ਸਕੀਮ ਸੂਬੇ ਦੀਆਂ ਲੱਖਾਂ ਮਹਿਲਾਵਾਂ ਲਈ ਆਰਥਿਕ ਸੁਰੱਖਿਆ ਅਤੇ ਸਨਮਾਨ ਦਾ ਅਹਿਮ ਆਧਾਰ ਬਣ ਰਹੀ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਸ ਗੱਲ ਲਈ ਵਚਨਬੱਧ ਹੈ ਕਿ ਕੋਈ ਵੀ ਲੋੜਵੰਦ ਮਹਿਲਾ ਆਰਥਿਕ ਤੰਗੀ ਕਾਰਨ ਆਪਣੇ ਸਨਮਾਨ ਅਤੇ ਬੁਨਿਆਦੀ ਜ਼ਰੂਰਤਾਂ ਤੋਂ ਵਾਂਝੀ ਨਾ ਰਹੇ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ।

ਸਕੀਮ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਈ ਮਹੀਨੇ ਤੱਕ ਵਿਧਵਾ ਅਤੇ ਨਿਆਸ਼ਰਿਤ ਮਹਿਲਾਵਾਂ ਲਈ ਚਲਾਈ ਜਾ ਰਹੀ ਇਸ ਸਕੀਮ ਤਹਿਤ 305 ਕਰੋੜ ਰੁਪਏ ਤੋਂ ਵੱਧ ਦੀ ਰਕਮ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ 6.91 ਲੱਖ ਤੋਂ ਵੱਧ ਮਹਿਲਾਵਾਂ ਇਸ ਸਕੀਮ ਦਾ ਲਾਭ ਪ੍ਰਾਪਤ ਕਰ ਰਹੀਆਂ ਹਨ, ਜਿਸ ਨਾਲ ਉਨ੍ਹਾਂ ਨੂੰ ਆਰਥਿਕ ਸੁਰੱਖਿਆ ਮਿਲ ਰਹੀ ਹੈ ਅਤੇ ਉਹ ਆਤਮ-ਵਿਸ਼ਵਾਸ ਨਾਲ ਆਪਣਾ ਜੀਵਨ ਬਤੀਤ ਕਰਨ ਲਈ ਸਮਰੱਥ ਹੋ ਰਹੀਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2026-27 ਦੌਰਾਨ ਇਸ ਸਕੀਮ ਦੇ ਪ੍ਰਭਾਵਸ਼ਾਲੀ ਸੰਚਾਲਨ ਅਤੇ ਵੱਧ ਤੋਂ ਵੱਧ ਯੋਗ ਮਹਿਲਾਵਾਂ ਤੱਕ ਲਾਭ ਪਹੁੰਚਾਉਣ ਲਈ 1200 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਦਾ ਉਪਬੰਧ ਕੀਤਾ ਗਿਆ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਸਕੀਮ ਹਜ਼ਾਰਾਂ ਮਹਿਲਾਵਾਂ ਲਈ ਸਿਰਫ਼ ਵਿੱਤੀ ਸਹਾਇਤਾ ਹੀ ਨਹੀਂ, ਸਗੋਂ ਮੁਸ਼ਕਲ ਹਾਲਾਤਾਂ ਵਿੱਚ ਸਨਮਾਨ ਅਤੇ ਆਤਮ-ਵਿਸ਼ਵਾਸ ਨਾਲ ਜੀਵਨ ਜਿਉਣ ਦਾ ਸਹਾਰਾ ਵੀ ਬਣ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਮਹਿਲਾਵਾਂ ਦੀ ਸੁਰੱਖਿਆ, ਸਨਮਾਨ ਅਤੇ ਸਵੈ-ਨਿਰਭਰਤਾ ਨੂੰ ਮਜ਼ਬੂਤ ਕਰਨ ਵੱਲ ਇੱਕ ਅਹਿਮ ਕਦਮ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਪੱਕਾ ਵਿਸ਼ਵਾਸ ਹੈ ਕਿ ਅਸਲ ਸਮਾਜਿਕ ਤਰੱਕੀ ਉਦੋਂ ਹੀ ਸੰਭਵ ਹੈ ਜਦੋਂ ਮਹਿਲਾਵਾਂ ਆਰਥਿਕ ਤੌਰ ‘ਤੇ ਮਜ਼ਬੂਤ ਅਤੇ ਸਮਾਜਿਕ ਤੌਰ ‘ਤੇ ਸਸ਼ਕਤ ਹੋਣ। ਇਸੇ ਸੋਚ ਅਨੁਸਾਰ ਪੰਜਾਬ ਸਰਕਾਰ ਹਰ ਯੋਗ ਅਤੇ ਲੋੜਵੰਦ ਮਹਿਲਾ ਤੱਕ ਸਮਾਜਿਕ ਸੁਰੱਖਿਆ ਦੇ ਲਾਭ ਪਹੁੰਚਾਉਣ ਲਈ ਨਿਰੰਤਰ ਯਤਨ ਕਰ ਰਹੀ ਹੈ।

ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਇਹ ਸਕੀਮ 58 ਸਾਲ ਤੋਂ ਘੱਟ ਉਮਰ ਦੀਆਂ ਵਿਧਵਾ ਅਤੇ ਨਿਆਸ਼ਰਿਤ ਮਹਿਲਾਵਾਂ ਲਈ ਉਪਲਬਧ ਹੈ। ਇਸ ਤੋਂ ਇਲਾਵਾ, 30 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਅਣਵਿਆਹੀਆਂ ਮਹਿਲਾਵਾਂ ਵੀ ਇਸ ਸਕੀਮ ਦਾ ਲਾਭ ਲੈ ਸਕਦੀਆਂ ਹਨ। ਬਿਨੈਕਾਰ ਦੇ ਪਰਿਵਾਰ ਦੀ ਸਾਲਾਨਾ ਆਮਦਨ 60,000 ਰੁਪਏ ਤੋਂ ਵੱਧ ਨਹੀਂ ਹੋਣੀ ਚਾਹੀਦੀ।

ਮਹਿਲਾਵਾਂ ਦੀ ਭਲਾਈ ਅਤੇ ਸਸ਼ਕਤੀਕਰਨ ਪ੍ਰਤੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਮਹਿਲਾਵਾਂ ਨੂੰ ਸੁਰੱਖਿਅਤ, ਸਨਮਾਨਜਨਕ ਅਤੇ ਬਿਹਤਰ ਜੀਵਨ ਦੇ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ ਤਾਂ ਜੋ ਹਰ ਮਹਿਲਾ ਆਤਮ-ਵਿਸ਼ਵਾਸ ਅਤੇ ਆਰਥਿਕ ਸਥਿਰਤਾ ਨਾਲ ਸਮਾਜ ਵਿੱਚ ਆਪਣੀ ਭੂਮਿਕਾ ਨਿਭਾ ਸਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰ ਕਮਜ਼ੋਰ ਅਤੇ ਲੋੜਵੰਦ ਵਰਗ ਤੱਕ ਭਲਾਈ ਸਕੀਮਾਂ ਦੇ ਲਾਭ ਪਹੁੰਚਾ ਕੇ ਇੱਕ ਹੋਰ ਸਮਾਵੇਸ਼ੀ ਅਤੇ ਸੰਵੇਦਨਸ਼ੀਲ ਪੰਜਾਬ ਦੀ ਸਿਰਜਣਾ ਲਈ ਯਤਨਸ਼ੀਲ ਹੈ।

ਪਾਕਿਸਤਾਨ ਵਿੱਚ ਦੋ ਬੰਬ ਧਮਾਕੇ, 7 ਦੀ ਮੌਤ, 3 ਜ਼ਖਮੀ

ਨਵੀਂ ਦਿੱਲੀ, 20 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪਾਕਿਸਤਾਨ ਦੇ ਉੱਤਰ-ਪੱਛਮੀ ਬੰਨੂ ਜ਼ਿਲ੍ਹੇ ਵਿੱਚ ਸ਼ਨੀਵਾਰ ਨੂੰ ਸੜਕ ਕਿਨਾਰੇ ਹੋਏ ਦੋ ਬੰਬ ਧਮਾਕਿਆਂ ਵਿੱਚ 7 ਲੋਕਾਂ ਦੀ ਮੌਤ ਹੋ ਗਈ, ਜਦਕਿ 3 ਹੋਰ ਜ਼ਖ਼ਮੀ ਹੋ ਗਏ। ਸਥਾਨਕ ਅਧਿਕਾਰੀਆਂ ਨੇ ਇਸ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਪਹਿਲਾ ਧਮਾਕਾ ਵਜ਼ੀਰ ਉਪ-ਖੰਡ ਦੇ ਫਾਂਗ ਮੂਸਾ ਖੇਲ ਇਲਾਕੇ ਵਿੱਚ ਹੋਇਆ। ਡੋਮੇਲ ਵੱਲ ਜਾ ਰਹੀ ਇੱਕ ਯਾਤਰੀ ਗੱਡੀ ਨੂੰ ਨਿਸ਼ਾਨਾ ਬਣਾਇਆ ਗਿਆ। ਇਸ ਹਮਲੇ ਵਿੱਚ 5 ਲੋਕਾਂ ਦੀ ਜਾਨ ਚਲੀ ਅਤੇ 3 ਹੋਰ ਜ਼ਖ਼ਮੀ ਹੋ ਗਏ। ਪਹਿਲੇ ਹਮਲੇ ਦੇ ਕੁਝ ਸਮੇਂ ਬਾਅਦ ਦੂਜਾ ਧਮਾਕਾ ਹੋ ਗਿਆ। ਇਹ ਧਮਾਕਾ ਪਹਿਲੀ ਘਟਨਾ ਵਾਲੀ ਥਾਂ ਤੋਂ ਕਰੀਬ ਇੱਕ ਕਿਲੋਮੀਟਰ ਦੂਰ ਹੋਇਆ, ਜਿਸ ਵਿੱਚ 2 ਹੋਰ ਲੋਕਾਂ ਦੀ ਮੌਤ ਹੋ ਗਈ ਅਤੇ ਇੱਕ ਗੱਡੀ ਨੂੰ ਵੀ ਨੁਕਸਾਨ ਪਹੁੰਚਿਆ। ਬੰਨੂ ਦੇ ਜ਼ਿਲ੍ਹਾ ਪੁਲਿਸ ਅਧਿਕਾਰੀ (ਡੀਪੀਓ)  ਨੇ ਦੱਸਿਆ ਕਿ ਸੁਰੱਖਿਆ ਬਲ ਤੁਰੰਤ ਮੌਕੇ ‘ਤੇ ਪਹੁੰਚ ਗਏ ਸਨ। ਘਟਨਾ ਸਥਾਨ ਤੋਂ ਸਬੂਤ ਇਕੱਠੇ ਕਰ ਲਏ ਗਏ ਹਨ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਵੱਲੋਂ ਜਾਰੀ ਬਿਆਨ ਵਿੱਚ ਇਨ੍ਹਾਂ ਹਮਲਿਆਂ ਨੂੰ ਕਾਇਰਤਾਪੂਰਨ ਅੱਤਵਾਦੀ ਕਾਰਵਾਈ ਕਰਾਰ ਦਿੱਤਾ ਗਿਆ ਹੈ। ਪੁਲਿਸ ਦੇ ਮੁਤਾਬਕ, ਦੋਵੇਂ ਗੱਡੀਆਂ ਨੂੰ ਰਿਮੋਟ ਕੰਟਰੋਲ ਰਾਹੀਂ ਕੀਤੇ ਗਏ ਧਮਾਕਿਆਂ ਨਾਲ ਨਿਸ਼ਾਨਾ ਬਣਾਇਆ ਗਿਆ। ਇਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ। ਅਧਿਕਾਰੀਆਂ ਨੂੰ ਖ਼ਦਸ਼ਾ ਹੈ ਕਿ ਇਲਾਕੇ ਵਿੱਚ ਹੋਰ ਵੀ ਬੰਬ ਮੌਜੂਦ ਹੋ ਸਕਦੇ ਹਨ, ਜਿਸ ਕਾਰਨ ਸੁਰੱਖਿਆ ਏਜੰਸੀਆਂ ਵੱਲੋਂ ਚੌਕਸੀ ਵਧਾ ਦਿੱਤੀ ਗਈ ਹੈ।

ਰੇਲਵੇ ਸਟੇਸ਼ਨ ’ਤੇ ਜਨਰਲ ਡੱਬੇ ’ਚ ਸੀਟ ਲਈ ਨੌਜਵਾਨ ਦਾ ਕਤਲ

ਨਵੀਂ ਦਿੱਲੀ, 20 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਦਿੱਲੀ ਵਿੱਚ ਰੇਲਵੇ ਸਟੇਸ਼ਨ ਉਤੇ ਗੱਡੀ ਦੇ ਜਨਰਲ ਡੱਬੇ ਵਿੱਚ ਸੀਟ ਨੂੰ ਲੈ ਕੇ ਹੋਇਆ ਮਾਮੂਲੀ ਝਗੜਾ ਖੂਨੀ ਰੂਪ ਧਾਰਨ ਕਰ ਗਿਆ। ਮਿਲੀ ਜਾਣਕਾਰੀ ਅਨੁਸਾਰ ਸ਼ਾਹਰਦਾ ਰੇਲਵੇ ਸਟੇਸ਼ਨ ਉਤੇ ਰੇਲ ਗੱਡੀ ਚੜ੍ਹਦੇ ਸਮੇਂ ਵਿਵਾਦ ਹੋ ਗਿਆ। ਪਲੇਟਫਾਰਮ ਨੰਬਰ 3 ਉਤੇ ਯੋਗਾ ਐਕਸਪ੍ਰੈਸ ਦੀ ਜਨਰਲ ਬੋਗੀ ਵਿੱਚ ਚੜ੍ਹਨ ਦੀ ਕੋਸ਼ਿਸ਼ ਕਰ ਰਹੇ ਇਕ ਵਿਅਕਤੀ ਨੂੰ ਕੁਝ ਦੂਜੇ ਹੋਰ ਯਾਤਰੀਆਂ ਨੇ ਬੁਰੀ ਤਰ੍ਹਾਂ ਮਾਰਕੁੱਟ ਕੀਤੀ। ਇਸ ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ। ਮੌਕੇ ਉਤੇ ਰੇਲਵੇ ਪੁਲਿਸ ਮੁਲਾਜ਼ਮ ਪੀੜਤ ਮੁਲਾਜ਼ਮ ਨੂੰ ਸੁਰੱਖਿਅਤ ਘੇਰੇ ਵਿੱਚ ਲਿਆ ਕੇ ਫਰਸ਼ ਉਤੇ ਪਾਉਂਦੇ ਹਨ। ਬਾਅਦ ਵਿੱਚ ਗੰਭੀਰ ਹਾਲਤ ਵਿੱਚ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ।

ਦੱਸਿਆ ਜਾ ਰਿਹਾ ਹੈ ਸਵੇਰੇ 6 ਵਜੇ ਜਨਰਲ ਡੱਬੇ ਵਿੱਚ ਚੜ੍ਹਦੇ ਸਮੇਂ ਯਾਤਰੀਆਂ ਵਿੱਚ ਧੱਕਾ ਮੁੱਕੀ ਹੋ ਗਈ। ਇਸ ਦੌਰਾਨ ਉਤਰ ਪ੍ਰਦੇਸ਼ ਦੇ ਬਾਗਪਤ ਦੇ ਰਹਿਣ ਵਾਲੇ ਪੰਕਜ ਧਾਮਾ ਦਾ ਕੁਝ ਯਾਤਰੀਆਂ ਨਾਲ ਵਿਵਾਦ ਹੋ ਗਿਆ। ਦੇਖਦੇ ਦੇਖਦੇ ਹੀ ਬੋਗੀ ਦੇ ਗੇਟ ਉਤੇ ਸ਼ੁਰੂ ਹੋਇਆ ਮਾਮੂਲੀ ਝਗੜਾ ਹਿੰਸਕ ਰੂਪ ਧਾਰਨ ਕਰ ਗਿਆ। ਗੁੱਸੇ ਵਿੱਚ ਹੋਰਨਾ ਯਾਰਤੀਆਂ ਨੇ ਉਸ ਉਤੇ ਹਮਲਾ ਕਰ ਦਿੱਤਾ, ਜ਼ਮੀਨ ਉਤੇ ਡਿੱਗਦਿਆਂ ਹੀ ਉਸ ਦੀ ਬੇਰਹਿਮੀ ਨਾਲ ਮਾਰਕੁੱਟ ਕੀਤੀ ਗਈ।

ਨਵੀਂ ਦਿੱਲੀ ਰੇਲਵੇ ਦੇ ਡੀਸੀਪੀ ਸਚਿਨ ਸ਼ਰਮਾ ਨੇ ਦੱਇਸਆ ਕਿ ਗੰਭੀਰਤ ਹਾਲਤ ਵਿੱਚ ਪੀੜਤ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਇਸ ਮਾਮਲੇ ਵਿੱਚ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਨੌਜਵਾਨ ਪੁਲਿਸ ਮੁਲਾਜ਼ਮ ਪੰਜਾਬ ਪੁਲਿਸ ਦੇ ਫ਼ਰੰਟਲਾਈਨ ਰਿਸਪਾਂਸ ਨੂੰ ਹੋਰ ਮਜ਼ਬੂਤ ਬਣਾ ਕੇ ਅਪਰਾਧ ਨਾਲ ਲੜਨ ਦੀ ਸਮਰੱਥਾ ਵਿੱਚ ਕਰ ਰਹੇ ਹਨ ਵਾਧਾ

ਚੰਡੀਗੜ੍ਹ , 20 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਪੁਲਿਸ ਦੀ ਸਫਲਤਾ ਸਿਰਫ਼ ਤਜਰਬੇਕਾਰ ਸੀਨੀਅਰ ਅਧਿਕਾਰੀਆਂ ਦੇ ਮੋਢਿਆਂ ’ਤੇ ਹੀ ਨਿਰਭਰ ਨਹੀਂ , ਸਗੋਂ ਉਹਨਾਂ ਨੌਜਵਾਨ ਅਧਿਕਾਰੀਆਂ ਦੀ ਦ੍ਰਿੜਤਾ ਤੇ ਤਨਦੇਹੀ ਦਾ ਵੀ ਭਰਪੂਰ ਯੋਗਦਾਨ ਹੈ,ਜੋ ਦੇਸ਼ ਦੀ ਸਭ ਤੋਂ ਸ਼ਕਤੀਸ਼ਾਲੀ ਪੁਲਿਸ ਫੋਰਸ ਦੇ ਭਵਿੱਖ ਨੂੰ ਮਜ਼ਬੂਤ ਬਣਾ ਰਹੇ ਹਨ।

ਸੂਬੇ ਦੀ ਪੁਲਿਸ ਵਿੱਚ ਕਾਂਸਟੇਬਲ ਤੋਂ ਲੈ ਕੇ ਡੀਐਸਪੀ (ਡਿਪਟੀ ਸੁਪਰਿੰਟੈਂਡੈਂਟ ਆਫ ਪੁਲਿਸ) ਤੱਕ ਵੱਖ-ਵੱਖ ਅਹੁਦਿਆਂ ’ਤੇ ਨੌਜਵਾਨ ਅਧਿਕਾਰੀ ਤਾਇਨਾਤ ਹਨ, ਜੋ ਆਧੁਨਿਕ ਤਕਨਾਲੋਜੀ ਅਤੇ ਨਿਡਰ ਸੋਚ ਦੇ ਨਾਲ ਅਪਰਾਧ ਅਤੇ ਗੈਂਗ ਗਤੀਵਿਧੀਆਂ ’ਤੇ ਨਕੇਲ ਕੱਸਣ ਵਿੱਚ ਵੱਡਮੁਲੀ ਭੂਮਿਕਾ ਨਿਭਾ ਰਹੇ ਹਨ। ਪੁਲਿਸ ਬਲ ਵਿੱਚ 27 ਤੋਂ 29 ਸਾਲ ਦੀ ਉਮਰ ਵਰਗ ਦੇ 4,253 ਕਰਮਚਾਰੀ ਹਨ, ਜਦਕਿ 3,978 ਕਰਮਚਾਰੀ 27 ਸਾਲ ਤੋਂ ਘੱਟ ਉਮਰ ਦੇ ਹਨ। ਇਸ ਨਾਲ ਸਰਹੱਦੀ ਸੂਬੇ ਪੰਜਾਬ ਵਿੱਚ ਹਰ ਤਰ੍ਹਾਂ ਦੇ ਅਪਰਾਧਾਂ ਨਾਲ ਨਜਿੱਠਣ ਲਈ ਨੌਜਵਾਨੀ ਅਤੇ ਤਜਰਬੇ ਦਾ ਸੰਤੁਲਿਤ ਸੁਮੇਲ ਮੌਜੂਦ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੁਆਰਾ, ਡੀਜੀਪੀ ਗੌਰਵ ਯਾਦਵ ਦੀ ਦੇਖ-ਰੇਖ ਹੇਠ ਕੀਤੀਆਂ ਗਈਆਂ ਤਾਜ਼ਾ ਭਰਤੀਆਂ ਨੇ ਅਜਿਹੀ ਪੁਲਿਸ ਫੋਰਸ ਤਿਆਰ ਕਰਨ ਵਿੱਚ ਯੋਗਦਾਨ ਪਾਇਆ ਹੈ ਜੋ ਸੂਬੇ ਦੇ ਲੋਕਾਂ ਲਈ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਦੇ ਸਮਰੱਥ ਹੈ।

ਰਿਕਾਰਡਾਂ ਅਨੁਸਾਰ, ਪੰਜਾਬ ਪੁਲਿਸ ਵਿੱਚ 29 ਸਾਲ ਤੋਂ ਘੱਟ ਉਮਰ ਦੇ 6,666 ਕਾਂਸਟੇਬਲ, 973 ਸੀਨੀਅਰ ਕਾਂਸਟੇਬਲ, 347 ਸਬ-ਇੰਸਪੈਕਟਰ ਅਤੇ 186 ਹੈੱਡ ਕਾਂਸਟੇਬਲ ਸੇਵਾ ਨਿਭਾ ਰਹੇ ਹਨ। ਇਹਨਾਂ 6,666 ਕਾਂਸਟੇਬਲਾਂ ਵਿੱਚੋਂ 3,855 ਦੀ ਉਮਰ 20 ਤੋਂ 26 ਸਾਲ ਦੇ ਵਿਚਕਾਰ ਹੈ, ਜਦਕਿ 1,198 ਦੀ ਉਮਰ 29 ਸਾਲ, 1,125 ਦੀ 28 ਸਾਲ ਅਤੇ 488 ਦੀ ਉਮਰ 27 ਸਾਲ ਹੈ।

ਇਸ ਸਬੰਧੀ ਡੀਜੀਪੀ ਗੌਰਵ ਯਾਦਵ ਨੇ ਕਿਹਾ, “ਪੰਜਾਬ ਪੁਲਿਸ ਹਰ ਕਿਸਮ ਦੀ ਸਥਿਤੀ ਨੂੰ ਸੰਭਾਲਣ ਅਤੇ ਹਰ ਹਾਲਤ ਵਿੱਚ ਅਪਰਾਧੀਆਂ ਨਾਲ ਨਜਿੱਠਣ ਦੇ ਸਮਰੱਥ ਹੈ। ਵੱਖ-ਵੱਖ ਭਰਤੀ ਮੁਹਿੰਮਾਂ ਰਾਹੀਂ ਫੋਰਸ ਵਿੱਚ 29 ਸਾਲ ਤੋਂ ਘੱਟ ਉਮਰ ਦੇ 8,231 ਕਰਮਚਾਰੀ ਭਰਤੀ ਹੋਏ ਹਨ। ਮੈਨੂੰ ਇਸ ਗੱਲ ਦਾ ਮਾਣ ਹੈ ਕਿ ਇਹਨਾਂ ਵਿੱਚੋਂ ਬਹੁਤੇ ਨੌਜਵਾਨ ਫਰੰਟਲਾਈਨ ਅਧਿਕਾਰੀ ਅਤੇ ਥਾਣਾ ਸਟਾਫ ਵਜੋਂ ਕੰਮ ਕਰ ਰਹੇ ਹਨ, ਜੋ ਸਿੱਧੇ ਤੌਰ ’ਤੇ ਕਾਨੂੰਨ-ਵਿਵਸਥਾ ਨੂੰ ਸੰਭਾਲਣ ਦੀ ਜ਼ਿੰਮੇਵਾਰੀ ਨਿਭਾਉਂਦੇ ਹਨ। ਇੰਨੀ ਵੱਡੀ ਗਿਣਤੀ ਵਿੱਚ ਨੌਜਵਾਨਾਂ ਦੀ ਮੌਜੂਦਗੀ ਪੁਲਿਸ ਫੋਰਸ ਨੂੰ ਵਿਲੱਖਣ ਬਣਾਉਂਣ ਅਤੇ ਸਾਰਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਵਿੱਚ ਮਦਦ ਕਰਦੀ ਹੈ।”

ਇਹ ਨਵੀ ਉਮਰ ਦੇ ਅਧਿਕਾਰੀ /ਕਰਮਚਾਰੀ ਨਾ ਸਿਰਫ ਪੰਜਾਬ ਪੁਲਿਸ ਦੀ ਬਦਲਦੀ ਤਸਵੀਰ ਪੇਸ਼ ਕਰ ਰਹੇ ਹਨ,ਸਗੋਂ ਇਸ ਨਾਲ ਪੁਲਿਸ ਦੀ ਸੰਸਥਾਗਤ ਮਜ਼ਬੂਤੀ
ਵੀ ਸਾਹਮਣੇ ਆਈ ਹੈ।

ਸੂਬੇ ਦੇ ਸਾਰੇ ਪੁਲਿਸ ਥਾਣਿਆਂ ਵਿੱਚ ਮਹਿਲਾ ਹੈਲਪ ਡੈਸਕਾਂ ਦੀ ਸਥਾਪਨਾ ਕੀਤੀ ਗਈ ਹੈ, ਇਸ ਦੇ ਨਾਲ ਹੀ ਰਾਜ ਦੇ ਸਿਟੀਜ਼ਨ ਪੋਰਟਲ ਦੀਆਂ ਸੇਵਾਵਾਂ ਵਿੱਚ ਵੀ ਸੁਧਾਰ ਹੋਇਆ ਹੈ।

ਨੌਜਵਾਨਾਂ ਨੂੰ ਫੋਰਸ ਵਿੱਚ ਸ਼ਾਮਲ ਕਰਨ ਦੀ ਮੁਹਿੰਮ ਅਜੇ ਜਾਰੀ ਹੈ। ਪੰਜਾਬ ਪੁਲਿਸ ਨੇ 3,298 ਅਸਾਮੀਆਂ ਲਈ ਵੱਡੀ ਕਾਂਸਟੇਬਲ ਭਰਤੀ ਮੁਹਿੰਮ ਸ਼ੁਰੂ ਕੀਤੀ ਹੈ, ਜਿਸ ਲਈ ਕੰਪਿਊਟਰ ਅਧਾਰਿਤ ਪ੍ਰੀਖਿਆ (ਸੀ. ਬੀ. ਟੀ. ) 1 ਜੁਲਾਈ ਤੋਂ ਸ਼ੁਰੂ ਹੋਵੇਗੀ। ਨਵੇਂ ਭਰਤੀ ਹੋਣ ਵਾਲੇ ਕਰਮਚਾਰੀਆਂ ਨਾਲ ਫਰੰਟਲਾਈਨ ਪੁਲਿਸ ਦੀ ਮੌਜੂਦਗੀ ਹੋਰ ਵਧੇਗੀ ਅਤੇ ਹਰ ਉਮਰ ਵਰਗ ਦੇ ਨਾਗਰਿਕਾਂ ਨਾਲ ਬਿਹਤਰ ਤਾਲਮੇਲ ਬਣਾਉਣ ਵਿੱਚ ਮਦਦ ਮਿਲੇਗੀ।

ਪੰਜਾਬ

ਦੇਸ਼