Breaking News
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ‘ਰੰਗਲਾ ਪੰਜਾਬ ਵਿਕਾਸ ਸਕੀਮ’ ਅਧੀਨ ਚੱਲ ਰਹੇ ਪ੍ਰੋਜੈਕਟਾਂ ਦੀ ਸਥਿਤੀ ਦਾ ਜਾਇਜ਼ਾ

ਚੰਡੀਗੜ੍ਹ, 20 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ‘ਰੰਗਲਾ ਪੰਜਾਬ ਵਿਕਾਸ ਸਕੀਮ’ ਨੂੰ ਤੇਜ਼ੀ ਨਾਲ ਲਾਗੂ ਕਰਨ ਲਈ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇੱਕ ਉੱਚ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਪਹਿਲੇ ਪੜਾਅ ਦੇ ਕੰਮਾਂ ਦੇ ਤਸਦੀਕਸ਼ੁਦਾ ਬਿੱਲ ਅਤੇ ਵਰਤੋਂ ਸਰਟੀਫਿਕੇਟ ਤੁਰੰਤ ਨਿਰਧਾਰਤ ਪੋਰਟਲ ‘ਤੇ ਅਪਲੋਡ ਕਰਨ ਦੇ ਹੁਕਮ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਅਧਿਕਾਰੀਆਂ ਨੂੰ ਪਹਿਲੇ ਪੜਾਅ ਦੇ ਬਾਕੀ ਰਹਿੰਦੇ ਵਿਕਾਸ ਕਾਰਜਾਂ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਦੀ ਹਦਾਇਤ ਕੀਤੀ।

ਇਸ ਮੀਟਿੰਗ ਵਿੱਚ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਵਧੀਕ ਮੁੱਖ ਸਕੱਤਰ ਜਸਪ੍ਰੀਤ ਤਲਵਾੜ ਵੀ ਹਾਜ਼ਰ ਸਨ। ਮੀਟਿੰਗ ਦਾ ਮੁੱਖ ਕੇਂਦਰ ਵਿਕਾਸ ਮੁਹਿੰਮ ਦੇ ਅਗਲੇ ਪੜਾਅ ਲਈ ਰਣਨੀਤੀਆਂ ਤਿਆਰ ਕਰਨਾ ਰਿਹਾ। ਵਿੱਤ ਮੰਤਰੀ ਨੇ ਸਕੀਮ ਦੇ ਦੂਜੇ ਪੜਾਅ ਨੂੰ ਸ਼ੁਰੂ ਕਰਨ ਲਈ ਨਿਰਧਾਰਤ ਸਮਾਂ-ਸੀਮਾ ਦੀ ਸਮੀਖਿਆ ਕੀਤੀ ਅਤੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਡਿਪਟੀ ਕਮਿਸ਼ਨਰ ਇਹ ਯਕੀਨੀ ਬਣਾਉਣ ਕਿ ਦੂਜੇ ਪੜਾਅ ਦੇ ਸਾਰੇ ਕੰਮ ਮਿੱਥੇ ਸਮੇਂ ਦੇ ਅੰਦਰ ਸ਼ੁਰੂ ਅਤੇ ਮੁਕੰਮਲ ਕੀਤੇ ਜਾਣ।

ਜਵਾਬਦੇਹੀ ਨੂੰ ਯਕੀਨੀ ਬਣਾਉਣ ਲਈ, ਵਿੱਤ ਮੰਤਰੀ ਨੇ ਡਿਪਟੀ ਕਮਸ਼ਨਰਾਂ ਨੂੰ ਮਈ ਦੇ ਅੰਤ ਤੱਕ ਦੋ ਵਿਸਤ੍ਰਿਤ ਰਿਪੋਰਟਾਂ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾ ਕਿਹਾ ਕਿ ਪਹਿਲੀ ਰਿਪੋਰਟ ਵਿੱਚ ਉਨ੍ਹਾਂ ਕਾਰਨਾਂ ਦਾ ਸਪੱਸ਼ਟ ਵੇਰਵਾ ਹੋਣਾ ਚਾਹੀਦਾ ਹੈ ਜਿਨ੍ਹਾਂ ਕਰਕੇ ਪਹਿਲੇ ਪੜਾਅ ਦੇ ਕੰਮ 31 ਮਈ ਤੱਕ ਮੁਕੰਮਲ ਨਹੀਂ ਹੋ ਸਕੇ ਅਤੇ ਦੂਜੀ ਰਿਪੋਰਟ ਵਿੱਚ ਆਉਣ ਵਾਲੇ ਦੂਜੇ ਪੜਾਅ ਦੇ ਵਿਕਾਸ ਪ੍ਰੋਜੈਕਟਾਂ ਨੂੰ ਨੇਪਰੇ ਚਾੜ੍ਹਨ ਲਈ ਇੱਕ ਵਿਆਪਕ ਯੋਜਨਾ ਅਤੇ ਸਮਾਂ-ਸੀਮਾ ਦਾ ਖਾਕਾ ਪੇਸ਼ ਕਰਨਾ ਹੋਵੇਗਾ।

ਸਖ਼ਤ ਨਿਗਰਾਨੀ ਦੀ ਲੋੜ ‘ਤੇ ਜ਼ੋਰ ਦਿੰਦਿਆਂ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਉਹ ਜ਼ਮੀਨੀ ਪੱਧਰ ‘ਤੇ ਕੰਮ ਦੀ ਰਫ਼ਤਾਰ ਵਧਾਉਣ ਲਈ ਹਰ ਹਫ਼ਤੇ ਪ੍ਰੋਜੈਕਟਾਂ ਦੀ ਸਮੀਖਿਆ ਕਰਨ। ਇਸ ਸਮੀਖਿਆ ਮੀਟਿੰਗ ਵਿੱਚ ਸਮੂਹ ਡਿਪਟੀ ਕਮਿਸ਼ਨਰਾਂ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਮੂਲੀਅਤ ਕੀਤੀ, ਜਦਕਿ ਸਬੰਧਤ ਪ੍ਰਬੰਧਕੀ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ : ਅੱਜ ਦਾ ਹੁਕਮਨਾਮਾ

ਮੁੱਖਵਾਕ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ

20-05-2026

ਸਲੋਕੁ ਮਃ ੩ ॥

ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥ ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥

ਬੁੱਧਵਾਰ, ੬ ਜੇਠ (ਸੰਮਤ ੫੫੮ ਨਾਨਕਸ਼ਾਹੀ)

(ਅੰਗ: ੬੪੬)

ਪੰਜਾਬੀ ਵਿਆਖਿਆ

ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ । ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ; ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ ।ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ ।੧।ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ । (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ ।੨। (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ । (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ । ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ । ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ) ।੧੧।

English Translation

SHALOK, THIRD MEHL:

O Shaykh, you wander in the four directions, blown by the four winds; bring your mind back to the home of the One Lord. Renounce your petty arguments, and realize the Word of the Guru’s Shabad. Bow in humble respect before the True Guru; He is the Knower who knows everything. Burn away your hopes and desires, and live like a guest in this world. If you walk in harmony with the True Guru’s Will, then you shall be honored in the Court of the Lord. O Nanak, those who do not contemplate the Naam, the Name of the Lord — cursed are their clothes, and cursed is their food. || 1 || THIRD MEHL: There is no end to the Lord’s Glorious Praises; His worth cannot be described. O Nanak, the Gurmukhs chant the Glorious Praises of the Lord; they are absorbed in His Glorious Virtues. || 2 || PAUREE: The Lord has adorned the coat of the body; He has embroidered it with devotional worship. The Lord has woven His silk into it, in so many ways and fashions. How rare is that man of understanding, who understands, and deliberates within. He alone understands these deliberations, whom the Lord Himself inspires to understand. Poor servant Nanak speaks: the Gurmukhs know the Lord, the Lord is True. || 11 ||

Wednesday, 6th Jayt’h (Samvat 558 Nanakshahi)

(Page: 646)

ਖਾਦ ਸਬਸਿਡੀ ‘ਤੇ ਆਪਣੀ ਹੀ ਵਾਹਵਾਹੀ ਕਰਨ ਵਾਲੇ ਜਾਖੜ ਤੇ ਵੜਿੰਗ ਨੇ ਕੱਸਿਆ ਤੰਜ

ਚੰਡੀਗੜ੍ਹ, 19 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਖਾਦ ਸਬਸਿਡੀ ਲਈ “ਧੰਨਵਾਦ” ਕਰਨ ‘ਤੇ ਤੰਜ ਕੱਸਿਆ ਕਿ ਜਿਵੇਂ ਉਨ੍ਹਾਂ ਨੇ ਕੋਈ ਕ੍ਰਾਂਤੀਕਾਰੀ ਕੰਮ ਕੀਤਾ ਹੋਵੇ ਜਾਂ ਇਹ ਪਹਿਲੀ ਵਾਰ ਹੋਇਆ ਹੋਵੇ।

ਵੜਿੰਗ ਨੇ ਕਿਹਾ ਕਿ ਖਾਦ ਸਬਸਿਡੀ ਕਈ ਸਾਲਾਂ ਤੋਂ ਹਰ ਸਰਕਾਰ ਦੀ ਨੀਤੀ ਰਹੀ ਹੈ ਅਤੇ ਪ੍ਰਧਾਨ ਮੰਤਰੀ ਮੋਦੀ ਇਸਨੂੰ ਦੇਣ ਵਾਲੇ ਪਹਿਲੇ ਨੇਤਾ ਨਹੀਂ ਹਨ, ਜਿਵੇਂ ਕਿ ਜਾਖੜ ਲੋਕਾਂ ਨੂੰ ਵਿਸ਼ਵਾਸ ਦਿਵਾਉਣਾ ਚਾਹੁੰਦੇ ਹਨ।

ਉਨ੍ਹਾਂ ਨੇ ਭਾਜਪਾ ਆਗੂ ਨੂੰ ਯਾਦ ਦਿਵਾਇਆ ਕਿ ਪ੍ਰਧਾਨ ਮੰਤਰੀ ਨੇ ਕਿਸਾਨਾਂ ਨੂੰ ਖਾਦਾਂ ਦੀ ਵਰਤੋਂ ਘਟਾਉਣ ਜਾਂ ਗੁਰੇਜ ਕਰਨ ਲਈ ਵੀ ਕਿਹਾ ਸੀ। ਉਨ੍ਹਾਂ ਨੇ ਸਵਾਲ ਕੀਤਾ ਕਿ ਜਦੋਂ ਇੱਕ ਪਾਸੇ ਤੁਸੀਂ ਖਾਦਾਂ ‘ਤੇ ਸਬਸਿਡੀ ਦੇਣ ਦਾ ਦਾਅਵਾ ਕਰਦੇ ਹੋ ਅਤੇ ਦੂਜੇ ਪਾਸੇ ਕਿਸਾਨਾਂ ਨੂੰ ਇਹਨਾਂ ਦੀ ਵਰਤੋਂ ਨਾ ਕਰਨ ਲਈ ਕਹਿੰਦੇ ਹੋ, ਤਾਂ ਇਸ ਦਾ ਕੀ ਮਤਲਬ ਬਣਦਾ ਹੈ?

ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਕਿਸਾਨਾਂ ਦੀਆਂ ਹੋਰ ਖੇਤੀ ਲਾਗਤਾਂ, ਜਿਵੇਂ ਕਿ ਡੀਜ਼ਲ, ਮਜ਼ਦੂਰੀ ਅਤੇ ਵੱਧ ਰਹੀ ਮਹਿੰਗਾਈ ਦੇ ਮੁਕਾਬਲੇ ਕੋਈ ਵੀ ਸਬਸਿਡੀ ਕਾਫ਼ੀ ਨਹੀਂ ਹੋ ਸਕਦੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਸਾਰੀਆਂ ਚੀਜ਼ਾਂ ਉਸ ਕਥਿਤ ਸਬਸਿਡੀ ਦੇ ਲਾਭ ਨੂੰ ਖਤਮ ਕਰ ਦੇਣਗੀਆਂ, ਜਿਹੜੀ ਸਰਕਾਰ ਨੂੰ ਹਰ ਹਾਲਤ ਵਿੱਚ ਕਿਸਾਨਾਂ ਨੂੰ ਦੇਣੀ ਹੀ ਪੈਂਦੀ ਹੈ। ਇਸ ਤੋਂ ਇਲਾਵਾ, ਸਰਕਾਰ ਕਿਸਾਨਾਂ ‘ਤੇ ਕੋਈ ਖਾਸ ਮਿਹਰਬਾਨੀ ਨਹੀਂ ਕਰ ਰਹੀ ਹੈ, ਕਿਉਂਕਿ ਕਿਸਾਨ ਹੀ ਪੂਰੇ ਦੇਸ਼ ਦਾ ਪੇਟ ਭਰਦੇ ਹਨ।

ਵਿਜੀਲੈਂਸ ਬਿਊਰੋ ਵੱਲੋਂ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਸਰਕਾਰੀ ਕਰਮਚਾਰੀਆਂ ਅਤੇ ਹਰ ਖੇਤਰ ਵਿੱਚ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਦੀ ਪੁਰਜ਼ੋਰ ਕੋਸ਼ਿਸ਼ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ 59 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਹਨ। ਇਸ ਤੋਂ ਇਲਾਵਾ, ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 4 ਵਿਜੀਲੈਂਸ ਇਨਕੁਆਇਰੀ ਵੀ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ 21 ਮੁਲਜ਼ਮਾਂ ਵਿਰੁੱਧ 13 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਹਨ ਜਿਨ੍ਹਾਂ ਵਿੱਚ 17 ਸਰਕਾਰੀ ਕਰਮਚਾਰੀ ਸ਼ਾਮਲ ਹਨ।

ਹੋਰ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਅੱਗੇ ਕਿਹਾ ਕਿ ਵੱਖ-ਵੱਖ ਸਮਰੱਥ ਅਦਾਲਤਾਂ ਨੇ ਪਿਛਲੇ ਮਹੀਨੇ ਦੌਰਾਨ ਬਿਊਰੋ ਵੱਲੋਂ ਦਾਇਰ ਕੀਤੇ ਗਏ ਅਤੇ ਲੜੇ ਗਏ ਚਾਰ ਰਿਸ਼ਵਤਖੋਰੀ ਦੇ ਕੇਸਾਂ ਦਾ ਫੈਸਲਾ ਸੁਣਾਇਆ, ਜਿਸ ਵਿੱਚ 20 ਵਿਅਕਤੀਆਂ ਨੂੰ ਦੋਸ਼ੀ ਠਹਿਰਾਇਆ ਗਿਆ ਅਤੇ ਦੋ ਸਾਲ ਤੋਂ ਪੰਜ ਸਾਲ ਦੀ ਕੈਦ ਅਤੇ 10,000 ਰੁਪਏ ਤੋਂ 2,00,000 ਰੁਪਏ ਤੱਕ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ।

ਮੋਦੀ ਸਰਕਾਰ ਖਾੜੀ ਜੰਗ ਦੀ ਆੜ ‘ਚ ਲੋਕਾਂ ਤੋਂ ਆਪਣੀ ਨੀਤੀ ਦੀਆਂ ਨਾਕਾਮੀਆਂ ਲੁਕਾਉਣ ਦੀ ਕੋਸ਼ਿਸ਼ ਕਰ ਰਹੀ: CM ਮਾਨ

ਸੰਗਰੂਰ; 19 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਖਾੜੀ ਜੰਗ ਦੇ ਹਾਲਾਤ ਦਾ ਲਾਹਾ ਲੈਣ ਲਈ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਵਰ੍ਹਦਿਆਂ ਕਿਹਾ ਕਿ ਕੇਂਦਰ ਆਪਣੀਆਂ ਵਿਦੇਸ਼ੀ ਅਤੇ ਆਰਥਿਕ ਨੀਤੀਆਂ ਦੀ ਨਾਕਾਮੀ ਨੂੰ ਲੁਕਾਉਣ ਲਈ ਇਸ ਜੰਗ ਨੂੰ ਢਾਲ ਵਜੋਂ ਵਰਤ ਰਹੀ ਹੈ ਅਤੇ ਦੇਸ਼ ਨੂੰ ਜਾਣਬੁੱਝ ਕੇ ਅਣਐਲਾਨੇ ਲਾਕਡਾਊਨ ਵੱਲ ਧੱਕਿਆ ਜਾ ਰਿਹਾ ਹੈ। ਕੇਂਦਰ ਵੱਲੋਂ ਲੋਕਾਂ ਨੂੰ ਸੰਜਮ ਵਰਤਣ ਲਈ ਵਾਰ-ਵਾਰ ਕੀਤੀਆਂ ਜਾ ਰਹੀਆਂ ਅਪੀਲਾਂ ‘ਤੇ ਸਵਾਲ ਉਠਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਸ਼ਵਵਿਆਪੀ ਸੰਕਟ ਤੋਂ ਪ੍ਰਭਾਵਿਤ ਕਿਸੇ ਵੀ ਹੋਰ ਦੇਸ਼ ਨੇ ਆਪਣੇ ਨਾਗਰਿਕਾਂ ਨੂੰ ਪੈਟਰੋਲ, ਡੀਜ਼ਲ, ਗੈਸ ਜਾਂ ਸੋਨਾ ਖਰੀਦਣਾ ਬੰਦ ਕਰਨ ਲਈ ਨਹੀਂ ਕਿਹਾ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੂੰ ਲੋਕਾਂ ਵਿੱਚ ਦਹਿਸ਼ਤ ਅਤੇ ਬੇਚੈਨੀ ਫੈਲਾਉਣ ਦੀ ਥਾਂ ਪੂਰੇ ਦੇਸ਼ ਨੂੰ ਭਾਰਤ ਦੇ ਭੰਡਾਰਾਂ ਦੀ ਅਸਲ ਸਥਿਤੀ ਬਾਰੇ ਦੱਸਣਾ ਚਾਹੀਦਾ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਗਲਤ ਵਿਦੇਸ਼ ਨੀਤੀ ਲਈ ਉਨ੍ਹਾਂ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਲੀਡਰਸ਼ਿਪ ਜਿਸਨੇ ਕਦੇ ਭਾਰਤ ਨੂੰ “ਵਿਸ਼ਵ ਗੁਰੂ” ਬਣਾਉਣ ਦਾ ਦਾਅਵਾ ਕੀਤਾ ਸੀ, ਹੁਣ ਉਸ ਨੇ ਦੇਸ਼ ਨੂੰ “ਵਿਸ਼ਵ ਚੇਲਾ” ਬਣਾ ਕੇ ਰੱਖ ਦਿੱਤਾ ਹੈ। ਪ੍ਰਧਾਨ ਮੰਤਰੀ ਦੇ ਵਿਦੇਸ਼ੀ ਦੌਰਿਆਂ ਦਾ ਲਾਭ ਆਮ ਲੋਕਾਂ ਦੀ ਬਜਾਏ ਉਨ੍ਹਾਂ ਦੇ ਕਾਰੋਬਾਰੀ ਦੋਸਤਾਂ ਨੂੰ ਹੀ ਹੋ ਰਿਹਾ ਹੈ।
ਹਾਈ-ਟੈਂਸ਼ਨ ਤਾਰਾਂ ਨੂੰ ਜ਼ਮੀਨਦੋਜ਼ ਕਰਨ ਦੇ ਮਹੱਤਵਪੂਰਨ ਪ੍ਰੋਜੈਕਟ ਦੇ ਉਦਘਾਟਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੋਦੀ ਸਰਕਾਰ ਵਿਦੇਸ਼ ਅਤੇ ਆਰਥਿਕ ਨੀਤੀ, ਦੋਵਾਂ ਪਹਿਲੂਆਂ ‘ਤੇ ਪੂਰੀ ਤਰ੍ਹਾਂ ਨਾਕਾਮ ਰਹੀ ਹੈ, ਜਿਸ ਕਾਰਨ ਦੇਸ਼ ਵਿੱਚ ਬੇਚੈਨੀ ਦਾ ਮਾਹੌਲ ਹੈ। ਕੇਂਦਰ ਸਰਕਾਰ ਖਾੜੀ ਜੰਗ ਤੋਂ ਪੈਦਾ ਹੋਈ ਸਥਿਤੀ ਦੀ ਗੰਭੀਰਤਾ ਦਾ ਅੰਦਾਜ਼ਾ ਲਗਾਉਣ ਵਿੱਚ ਵੀ ਨਾਕਾਮ ਰਹੀ ਹੈ, ਜਿਸ ਕਾਰਨ ਦੇਸ਼ ਵਿੱਚ ਪੂਰੀ ਤਰ੍ਹਾਂ ਹਫੜਾ-ਦਫੜੀ ਮੱਚ ਗਈ ਹੈ।
ਮੁੱਖ ਮੰਤਰੀ ਨੇ ਤੰਨਜ਼ ਕੱਸਦਿਆ ਕਿਹਾ, “ਇਹ ਹੈਰਾਨੀਜਨਕ ਗੱਲ ਹੈ ਕਿ ਜੰਗ ਇਜ਼ਰਾਈਲ ਅਤੇ ਈਰਾਨ ਦਰਮਿਆਨ ਚਲ ਰਹੀ ਹੈ ਤੇ ਇਸ ਦਾ ਪ੍ਰਭਾਵ ਕੇਂਦਰ ਵੱਲੋਂ ਜਾਣਬੁੱਝ ਕੇ ਦੇਸ਼ ‘ਤੇ ਪਾਇਆ ਜਾ ਰਿਹਾ ਹੈ ਜਦੋਂ ਕਿ ਕਿਸੇ ਹੋਰ ਗੁਆਂਢੀ ਦੇਸ਼ ਵਿੱਚ ਸਥਿਤੀ ਇੰਨੀ ਗੰਭੀਰ ਨਹੀਂ ਹੈ।”
ਵਿਦੇਸ਼ ਅਤੇ ਆਰਥਿਕ ਨੀਤੀਆਂ ‘ਚ ਅਸਫ਼ਲਤਾ
ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਸਿਤਮਜ਼ਰੀਫ਼ੀ ਵਾਲੀ ਗੱਲ ਹੈ ਕਿ “ਵਿਸ਼ਵ ਗੁਰੂ” ਬਣਨ ਦਾ ਮਾਣ ਕਰਨ ਵਾਲੇ ਪ੍ਰਧਾਨ ਮੰਤਰੀ ਨੇ ਹੁਣ ਦੇਸ਼ ਨੂੰ “ਵਿਸ਼ਵ ਚੇਲਾ” ਬਣਾ ਕੇ ਰੱਖ ਦਿੱਤਾ ਹੈ। ਉਨ੍ਹਾਂ ਅੱਗੇ ਕਿਹਾ, “ਅਜਿਹਾ ਇਸ ਲਈ ਹੋਇਆ ਹੈ ਕਿਉਂਕਿ ਕੇਂਦਰ ਸਰਕਾਰ ਦੇਸ਼ ‘ਚ ਲਏ ਜਾਣ ਵਾਲੇ ਹਰੇਕ ਛੋਟੇ ਤੋਂ ਛੋਟੇ ਫੈਸਲੇ ਲਈ ਅਮਰੀਕਾ ‘ਚ ਬੈਠੇ ਆਪਣੇ ਦੋਸਤਾਂ ਤੋਂ ਮਨਜ਼ੂਰੀ ਲੈਂਦੀ ਹੈ। ਦੇਸ਼ ਵਿੱਚ ਅਣਐਲਾਨਿਆ ਲਾਕਡਾਊਨ ਲਾਉਣ ਦੀ ਬਜਾਏ, ਪ੍ਰਧਾਨ ਮੰਤਰੀ ਨੂੰ ਤੇਲ, ਐਲਪੀਜੀ ਅਤੇ ਸੋਨੇ ਦੇ ਭੰਡਾਰਾਂ ਦੀ ਅਸਲ ਸਥਿਤੀ ਬਾਰੇ ਲੋਕਾਂ ਨੂੰ ਦੱਸਣਾ ਚਾਹੀਦਾ ਹੈ।”

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਦੇਸ਼ ਨੂੰ ਇਸ ਤਰ੍ਹਾਂ ਗੈਰ-ਜ਼ਿੰਮੇਵਾਰਾਨਾ ਢੰਗ ਨਾਲ ਨਹੀਂ ਚਲਾਇਆ ਜਾ ਸਕਦਾ ਜਿੱਥੇ ਪ੍ਰਧਾਨ ਮੰਤਰੀ ਵੱਲੋਂ ਲੋਕਾਂ ਨੂੰ ਸੋਚ-ਸਮਝ ਕੇ ਖ਼ਰਚ ਕਰਨ ਦੀ ਤਾਕੀਦ ਕੀਤੀ ਜਾਂਦੀ ਹੈ ਅਤੇ ਉਹ ਆਪ ਐਸ਼ੋ-ਇਸ਼ਰਤ ਵਿੱਚ ਰੁੱਝੇ ਹੋਏ ਹਨ। ਉਨ੍ਹਾਂ ਅੱਗੇ ਕਿਹਾ,“ਪ੍ਰਧਾਨ ਮੰਤਰੀ ਖੁਦ ਵਿਦੇਸ਼ੀ ਦੌਰਿਆਂ ਵਿੱਚ ਮਸ਼ਰੂਫ਼ ਹਨ, ਪਰ ਦੇਸ਼ ਵਾਸੀਆਂ ਨੂੰ ਵਿਦੇਸ਼ ਯਾਤਰਾ ਤੋਂ ਗੁਰੇਜ਼ ਕਰਨ ਦੀ ਅਪੀਲ ਕਰਦੇ ਹਨ। ਪ੍ਰਧਾਨ ਮੰਤਰੀ ਨੇ ਪਿਛਲੇ 14 ਸਾਲਾਂ ਵਿੱਚ ਕੀਤੇ ਇੰਨੇ ਵਿਦੇਸ਼ੀ ਦੌਰਿਆਂ ਤੋਂ ਹੋਈਆਂ ਪ੍ਰਾਪਤੀਆਂ ਦੀ ਜਾਣਕਾਰੀ ਕਦੇ ਵੀ ਮੀਡੀਆ, ਦੇਸ਼ ਜਾਂ ਸੰਸਦ ਨਾਲ ਸਾਂਝੀ ਨਹੀਂ ਕੀਤੀ”।
*ਪ੍ਰਧਾਨ ਮੰਤਰੀ ਦੇ ਵਿਦੇਸ਼ੀ ਦੌਰੇ ਅਤੇ ਉਦਯੋਗਪਤੀਆਂ ਨਾਲ ਨੇੜਤਾ
ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਧਾਨ ਮੰਤਰੀ ਦਾ ਫਰਜ਼ ਹੈ ਕਿ ਉਹ ਲੋਕਾਂ ਨੂੰ ਇਨ੍ਹਾਂ ਦੌਰਿਆਂ ਦੀਆਂ ਪ੍ਰਾਪਤੀਆਂ ਬਾਰੇ ਦੱਸਣ, ਪਰ ਅਜਿਹਾ ਕਦੇ ਨਹੀਂ ਹੋਇਆ। ਉਨ੍ਹਾਂ ਦੱਸਿਆ ,“ਪ੍ਰਧਾਨ ਮੰਤਰੀ ਆਪਣੇ ਉਦਯੋਗਪਤੀ ਮਿੱਤਰਾਂ ਨੂੰ ਇਨ੍ਹਾਂ ਵਿਦੇਸ਼ੀ ਯਾਤਰਾਵਾਂ ’ਤੇ ਆਪਣੇ ਨਾਲ ਲਿਜਾ ਕੇ ਉਨ੍ਹਾਂ ਨੂੰ ਨਿਵੇਸ਼ ਲਈ ਸਹੂਲਤ ਦਿੰਦੇ ਹਨ। ਨਤੀਜਾ ਇਹ ਹੈ ਕਿ ਨਰਿੰਦਰ ਮੋਦੀ ਦੇ ਨੇੜਲੇ ਉਦਯੋਗਪਤੀ ਦਿਨੋ-ਦਿਨ ਅਮੀਰ ਹੋ ਰਹੇ ਹਨ, ਜਦੋਂ ਕਿ ਦੂਜੇ ਪਾਸੇ ਦੇਸ਼ ਗਰੀਬ ਹੁੰਦਾ ਜਾ ਰਿਹਾ ਹੈ,”।
ਮੁੱਖ ਮੰਤਰੀ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਲੋਕਾਂ ਨੂੰ ਹੋਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ ਕਿਉਂਕਿ ਤੇਲ ਦੀਆਂ ਕੀਮਤਾਂ ਲਗਾਤਾਰ ਵਧਣ ਦੀ ਉਮੀਦ ਹੈ। ਉਨ੍ਹਾਂ ਅੱਗੇ ਕਿਹਾ,‘‘ਲੋਕਾਂ ਦੀਆਂ ਸਮੱਸਿਆਵਾਂ ਦਾ ਕੋਈ ਅੰਤ ਨਹੀਂ ਹੋਵੇਗਾ ਕਿਉਂਕਿ ਕੇਂਦਰ ਸਰਕਾਰ ਲੋਕ ਵਿਰੋਧੀ ਮਾਨਸਿਕਤਾ ਤੋਂ ਪੀੜਤ ਹੈ। ਲੋਕ ਭਾਰੀ ਬੋਝ ਹੇਠ ਦੱਬੇ ਰਹਿਣਗੇ ਕਿਉਂਕਿ ਚੋਣ ਮੋਡ ਵਿੱਚ ਰੁੱਝੇ ਹੋਣ ਕਰਕੇ ਕੇਂਦਰ ਸਰਕਾਰ ਹੁਣੇ -ਹੁਣੇ ਕੁੰਭਕਰਨੀ ਨੀਂਦ ਤੋਂ ਜਾਗੀ ਹੈ ’’।
ਪੰਜਾਬ ਭਾਜਪਾ ਦੇ ਆਗੂ ਜ਼ਮੀਨੀ ਹਕੀਕਤਾਂ ਤੋਂ ਪੂਰੀ ਤਰ੍ਹਾਂ ਅਣਜਾਣ ਹਨ ਅਤੇ ਸਿਰਫ਼ ਉਹੀ ਦੁਹਰਾਉਂਦੇ ਹਨ ਜਿਸ ਦਾ ਹੁਕਮ ਭਾਜਪਾ ਹਾਈ ਕਮਾਂਡ ਵੱਲੋਂ ਦਿੱਤਾ ਜਾਂਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਇੱਕ ਹੋਰ ਸਵਾਲ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਭਾਜਪਾ ਲੀਡਰਸ਼ਿਪ ਨੂੰ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਅਤੇ ਬੇਬੁਨਿਆਦ ਅਤੇ ਤਰਕਹੀਣ ਬਿਆਨਬਾਜ਼ੀ ਕਰਨ ਲਈ ਨਿੰਦਾ ਕੀਤੀ। ਉਨ੍ਹਾਂ ਕਿਹਾ, ‘‘ਪੰਜਾਬ ਭਾਜਪਾ ਦੇ ਆਗੂ ਜ਼ਮੀਨੀ ਹਕੀਕਤਾਂ ਤੋਂ ਪੂਰੀ ਤਰ੍ਹਾਂ ਅਣਜਾਣ ਹਨ ਕਿਉਂਕਿ ਉਹ ਸਿਰਫ਼ ਉਨ੍ਹਾਂ ਦੀ ਆਪਣੀ ਪਾਰਟੀ ਦੇ ਬੁਲਾਰੇ ਹਨ ਅਤੇ ਜੋ ਕੁਝ ਉਨ੍ਹਾਂ ਦੀ ਹਾਈ ਕਮਾਂਡ ਉਨ੍ਹਾਂ ਤੋਂ ਕਹਾਉਣਾ ਚਾਹੁੰਦੀ ਹੈ, ਉਹੀ ਕਹਿੰਦੇ ਹਨ।’’

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਕੁਝ ਦਿਨ ਪਹਿਲਾਂ ਹੀ ਕੇਂਦਰੀ ਖੇਤੀਬਾੜੀ ਮੰਤਰੀ ਕੋਲ ਡੀਏਪੀ ਦਾ ਮੁੱਦਾ ਚੁੱਕਿਆ ਸੀ ਅਤੇ ਭਰੋਸਾ ਦਿੱਤਾ ਗਿਆ ਸੀ ਕਿ ਪੰਜਾਬ ਦੀਆਂ ਜ਼ਰੂਰਤਾਂ ਪੂਰੀਆਂ ਕੀਤੀਆਂ ਜਾਣਗੀਆਂ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਮੈਂ ਪਹਿਲਾਂ ਹੀ ਕੇਂਦਰੀ ਖੇਤੀਬਾੜੀ ਮੰਤਰੀ ਕੋਲ ਡੀਏਪੀ ਦਾ ਮੁੱਦਾ ਉਠਾਇਆ ਹੈ ਅਤੇ ਉਨ੍ਹਾਂ ਨੇ ਪੰਜਾਬ ਦੀਆਂ ਲੋੜਾਂ ਪੂਰੀਆਂ ਕੀਤੇ ਜਾਣ ਬਾਰੇ ਭਰੋਸਾ ਵੀ ਦਿੱਤਾ ਹੈ ’’।

ਵਿਰੋਧੀ ਪਾਰਟੀਆਂ ’ਤੇ ਦਬਾਅ ਪਾਉਣ ਲਈ ਭਾਜਪਾ ਦੇ ਰਾਜਨੀਤਿਕ ਵਿੰਗਾਂ ਵਜੋਂ ਈ.ਡੀ., ਸੀ.ਬੀ.ਆਈ. ਅਤੇ ਆਮਦਨ ਕਰ ਦੀ ਕੀਤੀ ਜਾ ਰਹੀ ਹੈ ਦੁਰਵਰਤੋਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.), ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਅਤੇ ਆਮਦਨ ਕਰ ਵਿਭਾਗ ਵਰਗੀਆਂ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਬਾਰੇ ਤਿੱਖੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਏਜੰਸੀਆਂ ਭਾਜਪਾ ਦੇ ਵਿੰਗਾਂ ਵਜੋਂ ਕੰਮ ਕਰ ਰਹੀਆਂ ਹਨ। ਉਨ੍ਹਾਂ ਅੱਗੇ ਕਿਹਾ, “ਕੇਂਦਰ ਸਰਕਾਰ ਵੱਲੋਂ ਇਨ੍ਹਾਂ ਏਜੰਸੀਆਂ ਦੀ ਦੁਰਵਰਤੋਂ ਰਾਜਨੀਤਿਕ ਵਿਰੋਧੀਆਂ ’ਤੇ ਦਬਾਅ ਪਾਉਣ ਅਤੇ ਉਨ੍ਹਾਂ ਨੂੰ ਆਪਣੇ ਨਿੱਜੀ ਹਿੱਤਾਂ ਲਈ ਭਗਵਾ ਪਾਰਟੀ ਵਿੱਚ ਸ਼ਾਮਲ ਕਰਨ ਲਈ ਕੀਤੀ ਜਾ ਰਹੀ ਹੈ। ਇਨ੍ਹਾਂ ਏਜੰਸੀਆਂ ਰਾਹੀਂ ਸਿਆਸੀ ਵਿਰੋਧੀਆਂ ਨੂੰ ਨਿਸ਼ਾਨਾ ਬਣਾ ਕੇ, ਭਾਜਪਾ ਦੇਸ਼ ਵਿੱਚ ਲੋਕਤੰਤਰ ਦੀ ਆਵਾਜ਼ ਨੂੰ ਦਬਾਉਣ ਲਈ ਬਹੁਤ ਹੇਠਾਂ ਡਿੱਗ ਰਹੀ ਹੈ।”

ਭਗਵੰਤ ਮਾਨ ਸਰਕਾਰ ਵੱਲੋਂ ਪਿੰਡ ਸਤੌਜ ਤੋਂ ਬਿਜਲੀ ਦੀਆਂ ਤਾਰਾਂ ਅੰਡਰਗਰਾਊਂਡ ਕਰਨ ਦੇ ਪ੍ਰਾਜੈਕਟ ਦੀ ਸ਼ੁਰੂਆਤ

ਸੰਗਰੂਰ, 19 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਦੇਸ਼ ਦਾ ਪਹਿਲਾ ਖੰਭਾ-ਮੁਕਤ ਪਿੰਡਾਂ ਵਾਲਾ ਸੂਬਾ ਬਣਾਉਣ ਲਈ ਅੱਜ ਆਪਣੇ ਜੱਦੀ ਪਿੰਡ ਸਤੌਜ ਵਿੱਚ ਬਿਜਲੀ ਦੀਆਂ ਤਾਰਾਂ ਅੰਡਰਗਰਾਊਂਡ (ਜ਼ਮੀਨਦੋਜ਼) ਪਾਉਣ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖ ਕੇ ਆਪਣੀ ਕਿਸਮ ਦੀ ਨਿਵੇਕਲੀ ਤੇ ਇਤਿਹਾਸਕ ਪਹਿਲਕਦਮੀ ਦੀ ਸ਼ੁਰੂਆਤ ਕੀਤੀ। ਕਿਸਾਨਾਂ ਅਤੇ ਪਿੰਡਾਂ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਭਗਵੰਤ ਮਾਨ ਸਰਕਾਰ ਨੇ ਫ਼ਸਲਾਂ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਅਤੇ ਜਾਨਲੇਵਾ ਹਾਦਸਿਆਂ ਨੂੰ ਰੋਕਣ ਅਤੇ ਉਪਰੋਂ ਲੰਘਦੀਆਂ ਤਾਰਾਂ (ਓਵਰਹੈੱਡ ਲਾਈਨਾਂ) ਕਾਰਨ ਬਿਜਲੀ ਦੇ ਵਾਰ-ਵਾਰ ਲੱਗਣ ਵਾਲੇ ਕੱਟ ਖਤਮ ਕਰਨ ਲਈ ਬਿਜਲੀ ਦੀਆਂ ਤਾਰਾਂ ਨੂੰ ਜ਼ਮੀਨਦੋਜ਼ ਕਰਨਾ ਸ਼ੁਰੂ ਕਰ ਦਿੱਤਾ ਹੈ, ਜਿਸ ਨਾਲ ਪਿੰਡਾਂ ਨੂੰ ਖ਼ਤਰਨਾਕ ਖੰਭਿਆਂ ਅਤੇ ਗੁੰਝਲਦਾਰ ਤਾਰਾਂ ਦੇ ਜਾਲ ਤੋਂ ਵੀ ਮੁਕਤੀ ਮਿਲੇਗੀ।
ਇਸ ਪਾਇਲਟ ਪ੍ਰੋਜੈਕਟ ਤਹਿਤ ਸਤੌਜ ਵਿੱਚੋਂ 384 ਬਿਜਲੀ ਦੇ ਖੰਭੇ ਹਟਾ ਦਿੱਤੇ ਜਾਣਗੇ ਅਤੇ ਸੜਕਾਂ ਨੂੰ ਪੁੱਟੇ ਬਿਨਾਂ ਜ਼ਮੀਨਦੋਜ਼ ਕੇਬਲਾਂ ਵਿਛਾਈਆਂ ਜਾਣਗੀਆਂ। ਇਸ ਪ੍ਰਾਜੈਕਟ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਧੁਨਿਕ ਬੁਨਿਆਦੀ ਢਾਂਚੇ, ਨਿਰਵਿਘਨ ਬਿਜਲੀ ਸਪਲਾਈ ਅਤੇ ਸੁਰੱਖਿਅਤ ਪਿੰਡਾਂ ‘ਤੇ ਅਧਾਰਿਤ “ਰੌਸ਼ਨ ਪੰਜਾਬ” ਦੀ ਸ਼ੁਰੂਆਤ ਦੱਸਿਆ। ‘ਸਤੌਜ ਮਾਡਲ’ ਨੂੰ ਪੂਰੇ ਦੇਸ਼ ਲਈ ਮਿਸਾਲ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਨਾਲ ਪਿੰਡਾਂ ਨੂੰ ਤਾਰਾਂ ਮੁਕਤ ਕਰਨ ਦਾ ਆਪਣਾ ਵਾਅਦਾ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜ਼ਮੀਨਦੋਜ਼ ਬਿਜਲੀ ਸਪਲਾਈ ਨਾਲ ਪਿੰਡਾਂ ਵਿੱਚ ਬਿਜਲੀ ਦੇ ਖੰਭੇ ਲਾਉਣ ਨੂੰ ਲੈ ਕੇ ਹੁੰਦੀ ਸਿਆਸਤ ਵੀ ਖ਼ਤਮ ਹੋ ਜਾਵੇਗੀ।
ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਪੰਜਾਬ ਦੇ ਪਿੰਡਾਂ ਲਈ ਇਤਿਹਾਸਕ ਦਿਨ ਹੈ ਕਿਉਂਕਿ ਪਿੰਡਾਂ ਨੂੰ ਬਿਜਲੀ ਦੀਆਂ ਤਾਰਾਂ ਦੇ ਜਾਲ ਅਤੇ ਬੇਲੋੜੇ ਖੰਭਿਆਂ ਤੋਂ ਮੁਕਤ ਕਰਨ ਦਾ ਵਿਆਪਕ ਪ੍ਰਾਜੈਕਟ ਇੱਥੋਂ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਪਾਇਲਟ ਪ੍ਰਾਜੈਕਟ ਤਹਿਤ ਸਤੌਜ ਵਿੱਚ ਬਿਜਲੀ ਦੀਆਂ ਉਪਰੋਂ ਲੰਘਦੀਆਂ ਤਾਰਾਂ ਨੂੰ ਕਰੀਬ 8 ਕਰੋੜ ਰੁਪਏ ਦੀ ਲਾਗਤ ਨਾਲ ਜ਼ਮੀਨਦੋਜ਼ ਕੀਤਾ ਜਾਵੇਗਾ। ਇਹ ਦੇਸ਼ ਦਾ ਪਹਿਲਾ ਅਜਿਹਾ ਪ੍ਰਾਜੈਕਟ ਹੈ ਅਤੇ ਇਸ ਪਹਿਲਕਦਮੀ ਨਾਲ ਪੰਜਾਬ ਪੂਰੇ ਦੇਸ਼ ਲਈ ਮਾਡਲ ਪ੍ਰਾਜੈਕਟ ਵਜੋਂ ਉਭਰੇਗਾ।”
ਪ੍ਰਾਜੈਕਟ ਦੇ ਤਕਨੀਕੀ ਵੇਰਵਿਆਂ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ, “ਇਸ ਪ੍ਰਾਜੈਕਟ ਤਹਿਤ 7 ਕਿਲੋਮੀਟਰ ਹਾਈ ਟੈਂਸ਼ਨ (ਐਚ.ਟੀ.) ਲਾਈਨਾਂ, 9.5 ਕਿਲੋਮੀਟਰ ਲੋਅ ਟੈਂਸ਼ਨ (ਐਲ.ਟੀ.) ਲਾਈਨਾਂ ਅਤੇ 800 ਖਪਤਕਾਰਾਂ ਦੇ ਘਰਾਂ ਨੂੰ ਜੋੜਨ ਵਾਲੀ 41 ਕਿਲੋਮੀਟਰ ਸਰਵਿਸ ਕੇਬਲ ਜ਼ਮੀਨਦੋਜ਼ ਵਿਛਾਈ ਜਾਵੇਗੀ। ਸਤੌਜ ਦੇ 66 ਕੇ.ਵੀ. ਗਰਿੱਡ ਤੋਂ ਪਿੰਡ ਨਾਲ ਜੁੜੇ ਤਿੰਨ 11 ਕੇ.ਵੀ. ਫੀਡਰ ਅਤੇ ਇਸ ਨਾਲ ਜੁੜੇ 28 ਟਰਾਂਸਫਾਰਮਰਾਂ ਦੀਆਂ ਸਾਰੀਆਂ ਹਾਈ ਟੈਂਸ਼ਨ ਲਾਈਨਾਂ ਜ਼ਮੀਨਦੋਜ਼ ਹੋ ਜਾਣਗੀਆਂ। ਇਸ ਤੋਂ ਬਾਅਦ 28 ਟਰਾਂਸਫਾਰਮਰਾਂ ਤੋਂ ਮੀਟਰ ਬਕਸਿਆਂ ਤੱਕ ਦੀਆਂ ਸਾਰੀਆਂ ਲੋਅ ਟੈਂਸ਼ਨ ਲਾਈਨਾਂ ਵੀ ਜ਼ਮੀਨਦੋਜ਼ ਕੀਤੀਆਂ ਜਾਣਗੀਆਂ।”
ਮੁੱਖ ਮੰਤਰੀ ਨੇ ਅੱਗੇ ਕਿਹਾ, “ਮੀਟਰ ਬਕਸਿਆਂ ਨੂੰ ਸਾਰੇ ਘਰਾਂ ਨਾਲ ਜੋੜਨ ਵਾਲੀਆਂ ਕੇਬਲਾਂ ਨੂੰ ਵੀ ਜ਼ਮੀਨਦੋਜ਼ ਕੀਤਾ ਜਾਵੇਗਾ, ਜਿਸ ਕਾਰਨ 384 ਬੇਲੋੜੇ ਬਿਜਲੀ ਦੇ ਖੰਭੇ ਹਟਾ ਦਿੱਤੇ ਜਾਣਗੇ। ਇਸ ਪ੍ਰੋਜੈਕਟ ਦੀ ਵਿਸ਼ੇਸ਼ਤਾ ਇਹ ਹੈ ਕਿ ਜ਼ਮੀਨਦੋਜ਼ ਕੇਬਲਾਂ ਵਿਛਾਉਣ ਲਈ ਸੜਕਾਂ ਪੁੱਟਣ ਦੀ ਲੋੜ ਨਹੀਂ ਪਵੇਗੀ ਕਿਉਂਕਿ ਜ਼ਮੀਨਦੋਜ਼ ਪਾਈਪਾਂ ਪਾਉਣ ਲਈ ਟ੍ਰੈਂਚਲੈੱਸ (ਬਿਨਾਂ ਪੁਟਾਈ) ਡ੍ਰਿਲਿੰਗ ਮਸ਼ੀਨਾਂ ਦੀ ਵਰਤੋਂ ਕੀਤੀ ਜਾਵੇਗੀ। ਇਹ ਪਾਈਪਾਂ ਜ਼ਮੀਨ ਤੋਂ ਤਿੰਨ ਫੁੱਟ ਹੇਠਾਂ ਵਿਛਾਈਆਂ ਜਾਣਗੀਆਂ, ਜੋ ਆਮ ਲੋਕਾਂ ਲਈ ਵਰਦਾਨ ਸਾਬਤ ਹੋਣਗੀਆਂ।”
ਬਿਜਲੀ ਦੀਆਂ ਉੱਪਰਲੀਆਂ ਤਾਰਾਂ ਦੇ ਖ਼ਤਰਿਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਬਿਜਲੀ ਦੇ ਖੰਭਿਆਂ ਅਤੇ ਉੱਪਰਲੀਆਂ ਤਾਰਾਂ ਕਾਰਨ ਪਸ਼ੂਆਂ ਅਤੇ ਲੋਕਾਂ ਖ਼ਾਸ ਕਰਕੇ ਬੱਚਿਆਂ ਨੂੰ ਕਰੰਟ ਲੱਗਣ ਦਾ ਖ਼ਤਰਾ ਬਣਿਆ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਟਰੈਕਟਰ, ਕੰਬਾਈਨਾਂ ਅਤੇ ਹੋਰ ਵਾਹਨ ਉੱਪਰਲੀਆਂ ਤਾਰਾਂ ਦੇ ਸੰਪਰਕ ਵਿੱਚ ਆਉਂਦੇ ਹਨ ਤਾਂ ਅਕਸਰ ਹਾਦਸੇ ਵਾਪਰਦੇ ਹਨ। ਇਸੇ ਤਰ੍ਹਾਂ ਫ਼ਸਲਾਂ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਕਾਰਨ ਕਿਸਾਨਾਂ ਦਾ ਭਾਰੀ ਨੁਕਸਾਨ ਹੁੰਦਾ ਹੈ। ਮੀਂਹ, ਝੱਖੜ ਅਤੇ ਤੇਜ਼ ਹਵਾਵਾਂ ਕਾਰਨ ਖੰਭੇ ਅਤੇ ਤਾਰਾਂ ਟੁੱਟ ਜਾਂਦੀਆਂ ਹਨ, ਜਿਸ ਨਾਲ ਬਿਜਲੀ ਦੀ ਸਪਲਾਈ ਪ੍ਰਭਾਵਿਤ ਹੁੰਦੀ ਹੈ ਅਤੇ ਪਾਵਰ ਕਾਰਪੋਰੇਸ਼ਨ ਨੂੰ ਵਿੱਤੀ ਨੁਕਸਾਨ ਹੁੰਦਾ ਹੈ।” ਮੁੱਖ ਮੰਤਰੀ ਨੇ ਕਿਹਾ, “ਖੰਭਿਆਂ ਅਤੇ ਤਾਰਾਂ ਦਾ ਜਾਲ ਪਿੰਡਾਂ ਦੀ ਦਿੱਖ ਨੂੰ ਵੀ ਪ੍ਰਭਾਵਿਤ ਕਰਦਾ ਹੈ।
ਇਸ ਪ੍ਰਾਜੈਕਟ ਨੂੰ ਲੋਕਾਂ ਲਈ ਹਰ ਪੱਖੋਂ ਫਾਇਦੇਮੰਦ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਾਈ ਟੈਂਸ਼ਨ ਅਤੇ ਲੋਅ ਟੈਂਸ਼ਨ ਲਾਈਨਾਂ ਦੇ ਜ਼ਮੀਨਦੋਜ਼ ਹੋਣ ਨਾਲ ਬਿਜਲੀ ਦੀ ਲੀਕੇਜ ਖ਼ਤਮ ਹੋ ਜਾਵੇਗੀ, ਜਿਸ ਨਾਲ ਟ੍ਰਾਂਸਮਿਸ਼ਨ ਅਤੇ ਡਿਸਟ੍ਰੀਬਿਊਸ਼ਨ ਦਾ ਘਾਟਾ ਘਟੇਗਾ। ਉਨ੍ਹਾਂ ਕਿਹਾ ਕਿ ਪਿੰਡਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮਿਲੇਗੀ, ਜ਼ਮੀਨਦੋਜ਼ ਤਾਰਾਂ ਨਾਲ ਹਾਦਸਿਆਂ ਵਿੱਚ ਕਮੀ ਆਵੇਗੀ, ਬਿਜਲੀ ਦੀਆਂ ਤਾਰਾਂ ਕਾਰਨ ਫ਼ਸਲਾਂ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਰੁਕਣਗੀਆਂ ਅਤੇ ਮੀਂਹ ਤੇ ਤੇਜ਼ ਹਵਾਵਾਂ ਹੁਣ ਬਿਜਲੀ ਸਪਲਾਈ ਵਿੱਚ ਵਿਘਨ ਨਹੀਂ ਪਾ ਸਕਣਗੀਆਂ। ਉਨ੍ਹਾਂ ਕਿਹਾ ਕਿ ਬੇਲੋੜੇ ਖੰਭਿਆਂ ਅਤੇ ਉਲਝੀਆਂ ਤਾਰਾਂ ਨੂੰ ਹਟਾਉਣ ਨਾਲ ਪਿੰਡਾਂ ਦੀ ਦਿੱਖ ਹੋਰ ਸੁੰਦਰ ਹੋਵੇਗੀ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪ੍ਰਾਜੈਕਟ ਨੂੰ ਪੰਜਾਬ ਦੇ ਇਤਿਹਾਸ ਵਿੱਚ ਮੀਲ ਪੱਥਰ ਵਜੋਂ ਯਾਦ ਰੱਖਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ,”ਇਹ ਪ੍ਰਾਜੈਕਟ ਮੇਰੀ ਜਨਮ ਭੂਮੀ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ ਅਤੇ ਅੱਜ ਦਾ ਦਿਨ ਪੰਜਾਬ ਦੇ ਇਤਿਹਾਸ ਵਿੱਚ ਸੁਨਹਿਰੀ ਅੱਖਰਾਂ ਵਿੱਚ ਲਿਖਿਆ ਜਾਵੇਗਾ। ਇਸ ਪਿੰਡ ਤੋਂ ਪੰਜਾਬ ਸਰਕਾਰ ਨੇ ਅਜਿਹਾ ਪ੍ਰਾਜੈਕਟ ਸ਼ੁਰੂ ਕੀਤਾ ਹੈ ਜਿਸ ਬਾਰੇ ਦੇਸ਼ ਦੇ ਕਿਸੇ ਹੋਰ ਸੂਬੇ ਨੇ ਅਜੇ ਤੱਕ ਸੋਚਿਆ ਵੀ ਨਹੀਂ ਹੈ। ਇਹ ਪ੍ਰੋਜੈਕਟ ਇਸ ਲਈ ਸੰਭਵ ਹੋਇਆ ਕਿਉਂਕਿ ਅੱਜ ਮੇਰਾ ਸੁਪਨਾ ਸਾਕਾਰ ਹੋ ਰਿਹਾ ਹੈ। ਇਸ ਪ੍ਰਾਜੈਕਟ ਦਾ ਸੁਪਨਾ ਬਹੁਤ ਸਾਲ ਪਹਿਲਾਂ ਲਿਆ ਗਿਆ ਸੀ।”
ਮੁੱਖ ਮੰਤਰੀ ਨੇ ਅੱਗੇ ਕਿਹਾ, “ਅੱਜ ਦੀ ਇਹ ਪਹਿਲਕਦਮੀ ਸਿੱਧੇ ਤੌਰ ‘ਤੇ ਆਮ ਲੋਕਾਂ ਦੀ ਜ਼ਿੰਦਗੀ ਨਾਲ ਜੁੜੀ ਹੋਈ ਹੈ। ਆਉਣ ਵਾਲੇ ਦਿਨਾਂ ਵਿੱਚ ਇਹ ਬਿਜਲੀ ਦੇ ਖੰਭੇ ਇਤਿਹਾਸ ਬਣ ਜਾਣਗੇ।”
ਆਪਣੇ ਪਿੰਡ ਦੀ ਦੁਖਦਾਈ ਘਟਨਾ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਾਵੁਕ ਹੋ ਗਏ। ਉਨ੍ਹਾਂ ਕਿਹਾ, “ਇਸ ਪਿੰਡ ਦੇ ਤਿੰਨ ਨੌਜਵਾਨਾਂ ਦੀ ਕੰਬਾਈਨਾਂ ਨਾਲ ਬਿਜਲੀ ਦੇ ਕਰੰਟ ਲੱਗਣ ਕਾਰਨ ਜਾਨ ਚਲੀ ਗਈ ਸੀ। ਉਹ ਆਪਣੇ ਪਰਿਵਾਰਾਂ ਦੇ ਇੱਕੋ-ਇੱਕ ਕਮਾਊ ਮੈਂਬਰ ਸਨ। ਇਹ ਪ੍ਰੋਜੈਕਟ ਉਨ੍ਹਾਂ ਨੌਜਵਾਨਾਂ ਨੂੰ ਸ਼ਰਧਾਂਜਲੀ ਹੈ ਕਿਉਂਕਿ ਭਵਿੱਖ ਵਿੱਚ ਅਜਿਹੀਆਂ ਦੁਖਦਾਈ ਘਟਨਾਵਾਂ ਕਦੇ ਵੀ ਨਹੀਂ ਵਾਪਰਨੀਆਂ ਚਾਹੀਦੀਆਂ।”
ਇਸ ਪਹਿਲਕਦਮੀ ਨੂੰ ਦੇਸ਼ ਲਈ ਬਦਲਾਅ ਦਾ ਮਾਡਲ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ, “ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਨੂੰ ਵੱਡੀ ਰਾਹਤ ਦੇਣ ਲਈ ਪੂਰੇ ਦੇਸ਼ ਵਿੱਚ ‘ਸਤੌਜ ਮਾਡਲ’ ਜਾਣਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਦੁਨੀਆ ਮੰਗਲ ਗ੍ਰਹਿ ‘ਤੇ ਕਲੋਨੀਆਂ ਵਸਾਉਣ ਦੀਆਂ ਗੱਲਾਂ ਕਰ ਰਹੀ ਹੈ, ਜਦਕਿ ਸਾਡੇ ਲੋਕ ਅਜੇ ਵੀ ਗਲੀਆਂ-ਨਾਲੀਆਂ ਦੇ ਮਸਲਿਆਂ ਵਿੱਚ ਉਲਝੇ ਹੋਏ ਸਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਡਿਜੀਟਲ ਕ੍ਰਾਂਤੀ ਦੀ ਸ਼ੁਰੂਆਤ ਕੀਤੀ ਹੈ। ਆਰ.ਟੀ.ਓ. ਸੇਵਾਵਾਂ ਨੂੰ ਡਿਜੀਟਲਾਈਜ਼ ਕੀਤਾ ਗਿਆ ਹੈ ਅਤੇ ਸਰਲ ਭਾਸ਼ਾ ਵਿੱਚ ‘ਈਜ਼ੀ ਰਜਿਸਟਰੀ’ (ਸੌਖੀ ਰਜਿਸਟਰੀ) ਪ੍ਰਣਾਲੀ ਲਾਗੂ ਕੀਤੀ ਗਈ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਪਹਿਲਾਂ ਰਜਿਸਟਰੀ ਦੇ ਦਸਤਾਵੇਜ਼ ਔਖੀ ਭਾਸ਼ਾ ਵਿੱਚ ਤਿਆਰ ਕੀਤੇ ਜਾਂਦੇ ਸਨ ਜੋ ਆਮ ਲੋਕਾਂ ਦੀ ਸਮਝ ਵਿੱਚ ਨਹੀਂ ਆਉਂਦੇ ਸਨ, ਜਿਸ ਕਾਰਨ ਉਨ੍ਹਾਂ ਨੂੰ ਦਫ਼ਤਰਾਂ ਦੇ ਚੱਕਰ ਕੱਟਣੇ ਪੈਂਦੇ ਸਨ। ਪਰ ਹੁਣ ਲੋਕ ਆਪਣੇ ਜ਼ਿਲ੍ਹੇ ਦੀ ਕਿਸੇ ਵੀ ਤਹਿਸੀਲ ਤੋਂ ਆਪਣੀ ਰਜਿਸਟਰੀ ਕਰਵਾ ਸਕਦੇ ਹਨ।”
ਪੰਜਾਬ ਸਰਕਾਰ ਦੇ ਬੇਅਦਬੀ ਵਿਰੋਧੀ ਕਾਨੂੰਨ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਇਆ ਹੈ, ਜਿਸ ਵਿੱਚ ਉਮਰ ਕੈਦ ਤੱਕ ਦੀ ਸਜ਼ਾ ਦੀ ਵਿਵਸਥਾ ਹੈ ਤਾਂ ਜੋ ਭਵਿੱਖ ਵਿੱਚ ਕੋਈ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਹਿੰਮਤ ਨਾ ਕਰ ਸਕੇ। ਅਕਾਲ ਪੁਰਖ ਨੇ ਮੈਨੂੰ ‘ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026’ ਰਾਹੀਂ ਮਨੁੱਖਤਾ ਦੀ ਸੇਵਾ ਕਰਨ ਦਾ ਮੌਕਾ ਬਖਸ਼ਿਆ ਹੈ, ਜਿਸ ਵਿੱਚ ਬੇਅਦਬੀ ਲਈ ਸਖ਼ਤ ਸਜ਼ਾ ਦੀ ਵਿਵਸਥਾ ਹੈ।”
ਮੁੱਖ ਮੰਤਰੀ ਨੇ ਅੱਗੇ ਕਿਹਾ, “ਪਿਛਲੀਆਂ ਸਰਕਾਰਾਂ ਕੋਲ ਬੇਅਦਬੀ ਨੂੰ ਰੋਕਣ ਲਈ ਕਾਨੂੰਨ ਬਣਾਉਣ ਦੀ ਨਾ ਤਾਂ ਨੀਅਤ ਸੀ ਅਤੇ ਨਾ ਹੀ ਇੱਛਾ ਸ਼ਕਤੀ, ਜਿਸ ਕਾਰਨ ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਆਮ ਗੱਲ ਬਣ ਗਈ ਸੀ। ਪਰ ਪੰਜਾਬ ਸਰਕਾਰ ਦੁਆਰਾ ਪਾਸ ਕੀਤਾ ਗਿਆ ਇਹ ਐਕਟ ਇਸ ਨੂੰ ਖ਼ਤਮ ਕਰ ਦੇਵੇਗਾ ਕਿਉਂਕਿ ਕੋਈ ਵੀ ਕਦੇ ਵੀ ਇਸ ਨਾ-ਮਾਫ਼ੀਯੋਗ ਅਪਰਾਧ ਨੂੰ ਕਰਨ ਦੀ ਹਿੰਮਤ ਨਹੀਂ ਕਰੇਗਾ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਪੰਜਾਬ ਸਰਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਅਤੇ ਸਤਿਕਾਰ ਲਈ ਅਤੇ ਬੇਅਦਬੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਰਕਾਰ ਸਿੱਖ ਕਦਰਾਂ-ਕੀਮਤਾਂ ਅਤੇ ਲੋਕਾਂ ਦੀਆਂ ਭਾਵਨਾਵਾਂ ਪ੍ਰਤੀ ਪ੍ਰਤੀਬੱਧ ਹੈ। ਇਸ ਧਰਤੀ ਨੇ ਉਹ ਦੌਰ ਦੇਖਿਆ ਹੈ ਜਿਸ ਨੇ ਸਮੁੱਚੀ ਸਿੱਖ ਸੰਗਤ ਦੇ ਹਿਰਦਿਆਂ ਨੂੰ ਧੁਰ ਅੰਦਰ ਤੱਕ ਵਲੂੰਧਰਿਆ ਸੀ। ਪੰਜਾਬ ਸਰਕਾਰ ਨੇ ਹੁਣ ਇਹ ਕਾਨੂੰਨ ਬਣਾਇਆ ਹੈ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨਾ ਵਾਪਰਨ। ਸਿਰਫ਼ ਕੁਝ ਚੋਣਵੇਂ ਲੋਕ, ਜੋ ਆਪਣੇ ਆਪ ਨੂੰ ਹੀ ਪੰਥ ਸਮਝਦੇ ਹਨ, ਇਸ ਦਾ ਵਿਰੋਧ ਕਰ ਰਹੇ ਹਨ ਕਿਉਂਕਿ ਉਨ੍ਹਾਂ ਦੇ ਹੱਥ ਬੇਅਦਬੀ ਦੀਆਂ ਘਟਨਾਵਾਂ ਨਾਲ ਰੰਗੇ ਹੋਏ ਹਨ।”
ਪੰਜਾਬ ਸਰਕਾਰ ਦੀਆਂ ਸਿਹਤ ਸੰਭਾਲ ਪਹਿਲਕਦਮੀਆਂ ਬਾਰੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “‘ਮੁੱਖ ਮੰਤਰੀ ਸਿਹਤ ਯੋਜਨਾ’ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਪੰਜਾਬ ਦੇ ਸਾਰੇ 65 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਜਾਰੀ ਕੀਤੇ ਜਾ ਰਹੇ ਹਨ। ਹਰੇਕ ਪਰਿਵਾਰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦਾ ਹੱਕਦਾਰ ਹੈ। 30 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਸਿਹਤ ਕਾਰਡ ਮਿਲ ਚੁੱਕੇ ਹਨ, ਜਦੋਂ ਕਿ 1.65 ਲੱਖ ਲੋਕ ਇਸ ਸਕੀਮ ਤਹਿਤ ਮੁਫ਼ਤ ਇਲਾਜ ਕਰਵਾ ਚੁੱਕੇ ਹਨ। ਮੈਂ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਇਨ੍ਹਾਂ ਕਾਰਡਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।”
ਮੁੱਖ ਮੰਤਰੀ ਨੇ ਅੱਗੇ ਕਿਹਾ, “ਪੰਜਾਬ ਸਰਕਾਰ ਨੇ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕੀਤੀ ਹੈ ਜਿਸ ਤਹਿਤ ਹਰ ਮਹਿਲਾ ਨੂੰ 1,000 ਰੁਪਏ ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਮਹਿਲਾਵਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਸਨਮਾਨ ਰਾਸ਼ੀ ਮਿਲੇਗੀ। ਉਨ੍ਹਾਂ ਕਿਹਾ ਕਿ ਸਨਮਾਨ ਰਾਸ਼ੀ ਸਿੱਧੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੀ ਜਾਵੇਗੀ ਅਤੇ ਸਮਾਜਿਕ ਸੁਰੱਖਿਆ ਪੈਨਸ਼ਨ ਪ੍ਰਾਪਤ ਕਰ ਰਹੀਆਂ ਮਹਿਲਾਵਾਂ ਵੀ ਇਸ ਦੇ ਯੋਗ ਹੋਣਗੀਆਂ। ਪੰਜਾਬ ਦੀਆਂ ਲਗਭਗ 97 ਫੀਸਦੀ ਮਹਿਲਾਵਾਂ ਨੂੰ ਇਸ ਸਕੀਮ ਦਾ ਲਾਭ ਮਿਲਣ ਦੀ ਉਮੀਦ ਹੈ, ਜਿਸ ਲਈ ਪੰਜਾਬ ਸਰਕਾਰ ਨੇ ਬਜਟ ਵਿੱਚ 9,300 ਕਰੋੜ ਰੁਪਏ ਰੱਖੇ ਹਨ।”
ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਤਰੁਨਪ੍ਰੀਤ ਸਿੰਘ ਸੌਂਧ ਸਮੇਤ ਹੋਰ ਵੀ ਹਾਜ਼ਰ ਸਨ।
ਐਕਸ ‘ਤੇ ਕੁਝ ਅੰਸ਼ ਸਾਂਝੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੇ ਸੁਪਨਿਆਂ ਦਾ ‘ਰੌਸ਼ਨ ਪੰਜਾਬ’ ਬਣਾਉਣ ਵੱਲ ਇੱਕ ਹੋਰ ਇਤਿਹਾਸਕ ਕਦਮ ਪੁੱਟਦਿਆਂ ਅੱਜ ਪਿੰਡ ਸਤੌਜ ਵਿੱਚ ਬਿਜਲੀ ਦੀਆਂ ਤਾਰਾਂ ਨੂੰ ਜ਼ਮੀਨਦੋਜ਼ ਕਰਨ ਦੇ ਅਤਿ-ਆਧੁਨਿਕ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ। ਇਹ ਪਹਿਲਕਦਮੀ ਨਾ ਸਿਰਫ਼ ਪਿੰਡਾਂ ਅਤੇ ਸ਼ਹਿਰਾਂ ਦੀ ਦਿੱਖ ਨੂੰ ਨਿਖਾਰੇਗੀ, ਸਗੋਂ ਸ਼ਹਿਰੀ ਅਤੇ ਪੇਂਡੂ ਖੇਤਰਾਂ ਨੂੰ ਬਿਜਲੀ ਦੇ ਕੱਟਾਂ ਅਤੇ ਝੱਖੜਾਂ ਅਤੇ ਤੇਜ਼ ਹਵਾਵਾਂ ਦੌਰਾਨ ਹੋਣ ਵਾਲੇ ਹਾਦਸਿਆਂ ਤੋਂ ਵੀ ਪੂਰੀ ਸੁਰੱਖਿਆ ਪ੍ਰਦਾਨ ਕਰੇਗੀ।”
“ਇਸ ਪ੍ਰੋਜੈਕਟ ਦੇ ਨਾਲ ਘਰਾਂ, ਵਪਾਰਕ ਅਦਾਰਿਆਂ ਅਤੇ ਖੇਤਾਂ ਨੂੰ ਨਿਰਵਿਘਨ ਅਤੇ ਸੁਰੱਖਿਅਤ ਬਿਜਲੀ ਸਪਲਾਈ ਮਿਲੇਗੀ, ਜਿਸ ਨਾਲ ਹਰ ਨਾਗਰਿਕ ਦੇ ਜੀਵਨ ਪੱਧਰ ਵਿੱਚ ਸੁਧਾਰ ਹੋਵੇਗਾ। ਇਹ ਪਹਿਲਕਦਮੀ ਪੰਜਾਬ ਨੂੰ ਸਹੀ ਮਾਅਨਿਆਂ ਵਿੱਚ ‘ਰੰਗਲਾ ਪੰਜਾਬ’ ਬਣਾਉਣ ਦੀ ਦੂਰਅੰਦੇਸ਼ ਸੋਚ ਦਾ ਅਹਿਮ ਹਿੱਸਾ ਹੈ, ਜਿੱਥੇ ਹਰ ਪੱਧਰ ‘ਤੇ ਪਾਰਦਰਸ਼ਤਾ ਅਤੇ ਉੱਚ-ਗੁਣਵੱਤਾ ਵਾਲੇ ਕੰਮ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ‘ਆਪ’ ਸਰਕਾਰ ਤੁਹਾਡੀ ਸੇਵਾ ਵਿੱਚ ਅਤੇ ਪੰਜਾਬ ਦੀ ਤਰੱਕੀ ਲਈ ਪੂਰੀ ਲਗਨ ਨਾਲ ਦਿਨ-ਰਾਤ ਕੰਮ ਕਰ ਰਹੀ ਹੈ।”

ਗਰਮੀ ਦੀਆਂ ਛੁੱਟੀਆਂ ਦੌਰਾਨ ਸਕੂਲ/ਕਾਲਜ ਦੇ ਵਿਦਿਆਰਥੀਆਂ ਲਈ ਸੁਨਹਿਰੀ ਮੌਕਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਮਈ:

ਜ਼ਿਲ੍ਹਾ ਰੈਡ ਕਰਾਸ ਸ਼ਾਖਾ ਵੱਲੋਂ ਲੋਕ ਭਲਾਈ ਦੇ ਕੰਮਾਂ ਨੂੰ ਹੋਰ ਵਿਸਥਾਰ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈਡ ਕਰਾਸ ਸ਼ਾਖਾ ਸ੍ਰੀਮਤੀ ਕੋਮਲ ਮਿੱਤਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨਵਾਂ ਕੰਪਿਊਟਰ ਸੈਂਟਰ ਸ਼ੁਰੂ ਕੀਤਾ ਗਿਆ ਹੈ। ਇਸ ਸੈਂਟਰ ਵਿੱਚ ਬੱਚਿਆਂ, ਨੌਜਵਾਨਾਂ ਅਤੇ ਬਜ਼ੁਰਗਾਂ ਨੂੰ ਨਾਮਾਤਰ ਫੀਸਾਂ ’ਤੇ ਕੰਪਿਊਟਰ ਸਿੱਖਿਆ ਦਿੱਤੀ ਜਾ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਜ਼ਿਲ੍ਹਾ ਰੈਡ ਕਰਾਸ ਸ. ਹਰਬੰਸ ਸਿੰਘ ਨੇ ਦੱਸਿਆ ਕਿ ਸੈਂਟਰ ਵਿੱਚ ਬੇਸਿਕ ਕੰਪਿਊਟਰ ਕੋਰਸ (3 ਮਹੀਨੇ), ਪ੍ਰੋਫੈਸ਼ਨਲ ਕੰਪਿਊਟਰ ਕੋਰਸ (6 ਮਹੀਨੇ) ਅਤੇ ਪ੍ਰੋਫੈਸ਼ਨਲ ਟੈਲੀ ਅਕਾਊਟੈਂਸੀ ਕੋਰਸ (3 ਮਹੀਨੇ) ਚਲਾਏ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਜੂਨ ਮਹੀਨੇ ਦੌਰਾਨ ਸਕੂਲਾਂ ਅਤੇ ਕਾਲਜਾਂ ਵਿੱਚ ਗਰਮੀ ਦੀਆਂ ਛੁੱਟੀਆਂ ਹੋਣ ਕਾਰਨ ਵਿਦਿਆਰਥੀ ਇਸ ਸਮੇਂ ਦਾ ਲਾਹਾ ਚੁੱਕਦੇ ਹੋਏ ਕੰਪਿਊਟਰ ਕੋਰਸਾਂ ਵਿੱਚ ਦਾਖਲਾ ਲੈ ਸਕਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਜਲਦੀ ਤੋਂ ਜਲਦੀ ਜ਼ਿਲ੍ਹਾ ਰੈਡ ਕਰਾਸ ਸ਼ਾਖਾ, ਕਮਰਾ ਨੰਬਰ 525, ਚੌਥੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਪਹੁੰਚ ਕੇ ਆਪਣਾ ਦਾਖਲਾ ਕਰਵਾਉਣ।

ਸ. ਹਰਬੰਸ ਸਿੰਘ ਨੇ ਕਿਹਾ ਕਿ ਆਧੁਨਿਕ ਯੁੱਗ ਵਿੱਚ ਹਰ ਵਿਦਿਆਰਥੀ ਲਈ ਕੰਪਿਊਟਰ ਦੀ ਜਾਣਕਾਰੀ ਬਹੁਤ ਜਰੂਰੀ ਹੈ ਅਤੇ ਇਹ ਕੋਰਸ ਸਰਕਾਰੀ ਅਤੇ ਪ੍ਰਾਈਵੇਟ ਨੌਕਰੀਆਂ ਹਾਸਲ ਕਰਨ ਵਿੱਚ ਵੀ ਲਾਹੇਵੰਦ ਸਾਬਤ ਹੋਣਗੇ।

ਉਨ੍ਹਾਂ ਹੋਰ ਦੱਸਿਆ ਕਿ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਸਪੈਸ਼ਲ ਬੈਚ ਸ਼ੁਰੂ ਕੀਤੇ ਜਾਣਗੇ, ਜਿਨ੍ਹਾਂ ਦਾ ਸਮਾਂ ਸਵੇਰੇ 9:00 ਵਜੇ ਤੋਂ ਦੁਪਹਿਰ 1:00 ਵਜੇ ਤੱਕ ਹੋਵੇਗਾ।

ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 9041908522, 7087087055 ਅਤੇ 9780184266 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

ਜਨਗਣਨਾ ਫਾਰਮ ‘ਚ ਅਨੂਸੂਚਿਤ ਜਾਤੀ ਲਈ ਵਰਤੇ ਇਤਰਾਜਯੋਗ ਸ਼ਬਦਾਂ ਨੂੰ ਲੈ ਕੇ ਜਸਵੀਰ ਗੜ੍ਹੀ ਵਲੋਂ ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਨਾਲ ਮੁਲਾਕਾਤ

ਚੰਡੀਗੜ੍ਹ, 19 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :
ਭਾਰਤ ਸਰਕਾਰ ਵੱਲੋਂ ਜਨਗਣਨਾ 2027 ਲਈ ਤਿਆਰ ਫ਼ਾਰਮ ਵਿਚ ਅਨੂਸੂਚਿਤ ਜਾਤੀਆਂ ਦੇ ਲੋਕਾਂ ਲਈ ਮਨਾਹੀ ਵਾਲੇ ਸ਼ਬਦ ਵਰਤਣ ਦੇ ਮਾਮਲੇ ਵਿਚ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਅੱਜ ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ (ਨਵੀਂ ਦਿੱਲੀ) ਨਾਲ ਮੁਲਾਕਾਤ ਕੀਤੀ ਗਈ ਅਤੇ ਇਨ੍ਹਾਂ ਮਨਾਹੀ ਵਾਲੇ ਸ਼ਬਦ ਦੀ ਵਰਤੋਂ ਨੂੰ ਰੁਕਵਾਉਣ ਲਈ ਇੱਕ ਮੰਗ ਪੱਤਰ ਵੀ ਸੌਂਪਿਆ ਗਿਆ।
ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਜਨਗਣਨਾ 2027 ਦੀਆਂ ਸੂਚੀਆਂ ਅਤੇ ਡਿਜੀਟਲ ਪਲੇਟਫਾਰਮਾਂ ਤੋਂ ਅਨੁਸੂਚਿਤ ਜਾਤੀਆਂ ਲਈ ਵਰਤੀ ਗਈ ਅਪਮਾਨਜਨਕ ਅਤੇ ਸਮਾਜ ਵਿਰੋਧੀ ਸ਼ਬਦਾਵਲੀ ਨੂੰ ਤੁਰੰਤ ਹਟਵਾਉਣ ਲਈ ਕੌਮੀ ਕਮਿਸ਼ਨ ਕੋਲ ਪਹੁੰਚ ਕੀਤੀ ਗਈ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਵਿਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਕੋਲ ਦਾਇਰ ਇੱਕ ਸ਼ਿਕਾਇਤ (ਨੰਬਰ 1211/26/ਪੀਐਸਐਸਸੀਸੀ/5325-26) ਦਾ ਨੋਟਿਸ ਲੈਂਦੇ ਹੋਏ, ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਇਹ ਕਦਮ ਚੁੱਕਿਆ ਹੈ ‌। ਉਨ੍ਹਾਂ ਕਿਹਾ ਕਿ ਸਰਕਾਰੀ ਦਸਤਾਵੇਜ਼ਾਂ ਵਿੱਚ ਇਨ੍ਹਾਂ ਦੀ ਲਗਾਤਾਰ ਵਰਤੋਂ ਭਾਰਤ ਦੇ ਸੰਵਿਧਾਨ ਦੇ ਅਨੁਛੇਦ 14 (ਸਮਾਨਤਾ), ਅਨੁਛੇਦ 17 (ਛੂਤਛਾਤ ਦਾ ਖਾਤਮਾ), ਅਤੇ ਅਨੁਛੇਦ 21 (ਸਨਮਾਨ ਨਾਲ ਰਹਿਣ ਦਾ ਅਧਿਕਾਰ) ਦੀ ਸਿੱਧੀ ਉਲੰਘਣਾ ਕਰਦੀ ਹੈ।

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਸੌਂਪੇ ਗਏ ਮੰਗ ਪੱਤਰ ਵਿੱਚ ਮੁੱਖ ਤੌਰ ਤੇ ਸਾਰੇ ਇਤਰਾਜ਼ਯੋਗ ਸ਼ਬਦਾਂ ਨੂੰ ਜਨਗਣਨਾ ਫਾਰਮੈਟ ਅਤੇ ਸਵੈ-ਗਣਨਾ ਪੋਰਟਲ ਤੋਂ ਤੁਰੰਤ ਹਟਾ ਹਟਾਉਣ ਸਬੰਧੀ ਹੈ ਅਤੇ ਭਵਿੱਖ ਵਿੱਚ ਇਸ ਤਰ੍ਹਾਂ ਦੀ ਸਥਿਤੀ ਤੋਂ ਬਚਣ ਲਈ ਉਪਾਅ ਸੁਝਾਏ ਗਏ ਹਨ।

ਆਸਟਰੇਲੀਆ ’ਚ ਵਾਪਰੇ ਸੜਕ ਹਾਦਸੇ ਵਿੱਚ ਪੰਜਾਬੀ ਮੁਟਿਆਰ ਦੀ ਮੌਤ

ਲੁਧਿਆਣਾ, 19 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਛੱਡ ਕੇ ਆਪਣੇ ਚੰਗੇ ਭਵਿੱਖ ਲਈ ਆਸਟ੍ਰੇਲੀਆ ਗਈ ਪੰਜਾਬੀ ਮੁਟਿਆਰ ਦੀ ਸੜਕ ਹਾਦਸੇ ਵਿੱਚ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਰਾਏਕੋਟ ਦੀ ਰਹਿਣ ਵਾਲੇ 19 ਸਾਲਾ ਮੁਟਿਆਰ ਕੋਮਲਪ੍ਰੀਤ ਕੌਰ ਦੀ ਆਸਟ੍ਰੇਲੀਆ ਦੇ ਸ਼ਹਿਰ ਪਰਥ ਵਿੱਚ ਮੌਤ ਹੋ ਗਈ। ਕੋਮਲਪ੍ਰੀਤ ਕੌਰ ਜਦੋਂ ਡਿਊਟੀ ਕਰਕੇ ਵਾਪਸ ਆ ਰਹੀ ਸੀ ਤਾਂ ਉਸ ਨੂੰ ਇਕ ਤੇਜ਼ ਰਫ਼ਤਾਰ ਕਾਰ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਵਿੱਚ ਉਸਦੀ ਮੌਤੇ ਉਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕੋਮਲਪ੍ਰੀਤ ਕੌਰ ਨੇ 10 ਮਹੀਨੇ ਪਹਿਲਾਂ ਹੀ ਨਰਸਿੰਗ ਦੀ ਪੜ੍ਹਾਈ ਪੂਰੀ ਕੀਤੀ ਸੀ ਅਤੇ ਹੁਣ ਉਥੇ ਆਸ਼ਟਰਲੀਆ ਵਿੱਚਹੀ ਪਾਰਟ ਟਾਈਮ ਕੰਮ ਕਰਦੀ ਸੀ। ਹਰ ਰੋਜ਼ ਦੀ ਤਰ੍ਹਾਂ ਜਦੋਂ ਉਹ ਦੇਰ ਰਾਤ ਨੂੰ ਕੰਮ ਤੋਂ ਵਾਪਸ ਆ ਰਹੀ ਸੀ ਤਾਂ ਇਹ ਘਟਨਾ ਵਾਪਰੀ।

BKI ਨਾਲ ਜੁੜੇ ਵਿਦੇਸ਼ੀ ਹੈਂਡਲਰਾਂ ਦੇ 2 ਸਾਥੀ ਗ੍ਰਿਫਤਾਰ

ਅੰਮ੍ਰਿਤਸਰ, 19 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਕਾਊਂਟਰ ਇੰਟੈਲੀਜੈਂਸ, ਅੰਮ੍ਰਿਤਸਰ ਵੱਲੋਂ ਵੱਡੀ ਸਫਲਤਾ ਹਾਸਿਲ ਕਰਦੇ ਹੋਏ, ਬੱਬਰ ਖਾਲਸਾ ਇੰਟਰਨੈਸ਼ਨਲ (BKI) ਨਾਲ ਜੁੜੇ ਵਿਦੇਸ਼ੀ ਹੈਂਡਲਰਾਂ ਦੇ 2 ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ 2 ਹੈਂਡ ਗ੍ਰਨੇਡ ਬਰਾਮਦ ਕੀਤੇ ਗਏ।

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਰਾਮਦ ਕੀਤੇ ਗਏ ਗ੍ਰਨੇਡ ਇੱਕ ਵੱਡੀ ਸਾਜ਼ਿਸ਼ ਦਾ ਹਿੱਸਾ ਸਨ, ਜਿਸਦਾ ਉਦੇਸ਼ ਪੰਜਾਬ ਵਿੱਚ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਲਈ ਸਰਕਾਰੀ ਸੰਸਥਾਵਾਂ/ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਬਣਾਉਣਾ ਸੀ।

ਇਸ ਸਬੰਧੀ ਐਫ.ਆਈ.ਆਰ. ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਵਿਸਫੋਟਕ ਪਦਾਰਥ ਐਕਟ ਅਤੇ ਬੀ.ਐਨ.ਐਸ. ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਦਰਜ ਕੀਤੀ ਗਈ ਹੈ। ਅਗਲੇ ਅਤੇ ਪਿਛਲੇ ਸਬੰਧਾਂ ਦਾ ਪਤਾ ਕਰਨ ਅਤੇ ਨੈੱਟਵਰਕ ਵਿੱਚ ਸ਼ਾਮਲ ਹੋਰ ਸਾਥੀਆਂ ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ।

ਪੰਜਾਬ

ਦੇਸ਼