Breaking News
ਪੰਜਾਬ ਵਿੱਚ ਗਰਮੀ ਨੇ ਲੋਕਾਂ ਦੇ ਵੱਟ ਕੱਢੇ, ਬਠਿੰਡਾ ਤੇ ਰੋਹਤਕ ‘ਚ ਪਾਰਾ 45 ਡਿਗਰੀ ਤੋਂ ਪਾਰ

ਚੰਡੀਗੜ੍ਹ, 30 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਪੈ ਰਹੀ ਅਤਿ ਗਰਮੀ ਕਾਰਨ ਲੋਕ ਪ੍ਰੇਸ਼ਾਨ ਹੋ ਰਹੇ ਹਨ। ਲੋਕ ਇਸ ਵੇਲੇ ਅਸਹਿਜ ਕਰਨ ਵਾਲੀ ਭਿਆਨਕ ਗਰਮੀ ਅਤੇ ਨਮੀ (Humidity) ਦੀ ਦੋਹਰੀ ਮਾਰ ਝੱਲ ਰਹੇ ਹਨ। ਬੀਤੇ ਦਿਨੀਂ ਕਈ ਜ਼ਿਲ੍ਹਿਆਂ ਵਿੱਚ ਤਾਪਮਾਨ 41 ਡਿਗਰੀ ਸੈਲਸੀਅਸ ਜਾਂ ਇਸ ਤੋਂ ਵੱਧ ਚੱਲ ਰਿਹਾ ਹੈ। ਪੰਜਾਬ ਦੇ ਬਠਿੰਡਾ ਅਤੇ ਹਰਿਆਣਾ ਦੇ ਰੋਹਤਕ ਵਿੱਚ ਪਾਰਾ 45 ਡਿਗਰੀ ਸੈਲਸੀਅਸ ਦੇ ਆਸ-ਪਾਸ ਪਹੁੰਚ ਗਿਆ ਹੈ, ਜਿਸ ਕਾਰਨ ਹੀਟਵੇਵ ਵਰਗੇ ਹਾਲਾਤ ਬਣੇ ਹੋਏ ਹਨ। ਹਾਲਾਂਕਿ, ਇਸ ਕੜਕਦੀ ਗਰਮੀ ਦੇ ਵਿਚਕਾਰ ਹੁਣ ਇੱਕ ਰਾਹਤ ਭਰੀ ਖ਼ਬਰ ਵੀ ਸਾਹਮਣੇ ਆਈ ਹੈ। ਮੌਸਮ ਵਿਭਾਗ ਮੁਤਾਬਕ ਅਗਲੇ 2 ਤੋਂ 3 ਦਿਨਾਂ ਦੇ ਅੰਦਰ ਸਥਿਤੀ ਵਿੱਚ ਵੱਡਾ ਸੁਧਾਰ ਦੇਖਣ ਨੂੰ ਮਿਲੇਗਾ। ਮਾਨਸੂਨ ਦੇ ਸਰਗਰਮ ਹੋਣ ਅਤੇ ਪਹਾੜੀ ਇਲਾਕਿਆਂ ਵੱਲ ਵਧਣ ਕਾਰਨ 1 ਜੁਲਾਈ ਤੋਂ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਜਾਵੇਗੀ। ਪੂਰਬੀ ਹਵਾਵਾਂ ਅੱਗੇ ਵਧ ਰਹੀਆਂ ਹਨ, ਜੋ ਪੰਜਾਬ, ਹਰਿਆਣਾ, ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਦੇ ਉੱਤਰੀ ਹਿੱਸਿਆਂ ਨੂੰ ਕਵਰ ਕਰਨਗੀਆਂ। ਜੇਕਰ ਹਾਲਾਤ ਅਨੁਕੂਲ ਰਹਿੰਦੇ ਹਨ, ਤਾਂ ਜੁਲਾਈ ਦੇ ਪਹਿਲੇ ਹਫ਼ਤੇ ਤੱਕ ਰੁਕ-ਰੁਕ ਕੇ ਪ੍ਰੀ-ਮੌਨਸੂਨ ਗਤੀਵਿਧੀਆਂ ਅਤੇ ਚੰਗੀ ਬਾਰਿਸ਼ ਹੋਣ ਦੀ ਉਮੀਦ ਹੈ।

ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਸਾਡੀ ਸਰਕਾਰ 7,000 ਕਿਲੋਮੀਟਰ ਨਵੀਂਆਂ ਪਾਈਪਲਾਈਨਾਂ ਵਿਛਾਏਗੀ : CM ਭਗਵੰਤ ਮਾਨ

ਮੋਗਾ; 30 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਦੇ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਉਨ੍ਹਾਂ ਦੀ ਸਰਕਾਰ ਇਸ ਸਾਲ ਦੇ ਅੰਤ ਤੱਕ 7,000 ਕਿਲੋਮੀਟਰ ਹੋਰ ਪਾਈਪਲਾਈਨਾਂ ਵਿਛਾਏਗੀ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ 14,000 ਕਿਲੋਮੀਟਰ ਪਾਈਪਲਾਈਨਾਂ ਪਹਿਲਾਂ ਹੀ ਵਿਛਾਈਆਂ ਜਾ ਚੁੱਕੀਆਂ ਹਨ ਜੋ ਕੈਨੇਡਾ ਤੋਂ ਮੋਗਾ ਤੱਕ ਦੀ ਦੂਰੀ ਦੇ ਬਰਾਬਰ ਹਨ। ਉਨ੍ਹਾਂ ਕਿਹਾ ਕਿ ਸਰਕਾਰ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਵਾਟਰ ਰੀਚਾਰਜ ਪੁਆਇੰਟ ਵੀ ਬਣਾ ਰਹੀ ਹੈ।
ਮੋਗਾ ਦੇ ਭੱਲੂਰ ਵਿਖੇ ਇੱਕ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਲਗਭਗ 80 ਫੀਸਦ ਖੇਤੀਬਾੜੀ ਯੋਗ ਜ਼ਮੀਨ ਤੱਕ ਨਹਿਰੀ ਪਾਣੀ ਪਹੁੰਚਾਉਣਾ ਯਕੀਨੀ ਬਣਾਇਆ ਹੈ, ਜਦਕਿ ਪਿਛਲੀਆਂ ਸਰਕਾਰਾਂ ਨੇ ਕਿਸਾਨਾਂ ਨੂੰ ਅਣਗੌਲਿਆ ਕੀਤਾ ਸੀ।
ਮੁੱਖ ਮੰਤਰੀ ਨੇ ਇਹ ਵੀ ਦਾਅਵਾ ਕੀਤਾ ਕਿ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਲੋਕਾਂ ਵੱਲੋਂ ਨਕਾਰੀਆਂ ਗਈਆਂ ਪਾਰਟੀਆਂ ਮੇਰੇ ਖ਼ਿਲਾਫ਼ ਇਸ ਲਈ ਇੱਕਜੁੱਟ ਹੋ ਗਈਆਂ ਹਨ ਕਿਉਂਕਿ ਉਹ ਉਨ੍ਹਾਂ ਦੀ ਸਰਕਾਰ ਦੇ ਕੰਮਾਂ ਦਾ ਮੁਕਾਬਲਾ ਨਹੀਂ ਕਰ ਸਕਦੀਆਂ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਲੋਕ ਆਪਣੇ ਰਾਜ ਦੌਰਾਨ ਸੂਬੇ ਨੂੰ ਲੁੱਟਣ ਵਾਲਿਆਂ ਨੂੰ ਕਦੇ ਵੀ ਮੁੜ ਸੱਤਾ ਵਿੱਚ ਨਹੀਂ ਆਉਣ ਦੇਣਗੇ।
ਲੋਕ ਮਿਲਣੀ ਦੌਰਾਨ ਲੋਕਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਨੇ ਸੂਬੇ ਦੇ ਕੋਨੇ-ਕੋਨੇ ਵਿੱਚ ਕਿਸਾਨਾਂ ਦੀ ਸਹੂਲਤ ਲਈ ਸੂਬੇ ਭਰ ਵਿੱਚ 14,000 ਕਿਲੋਮੀਟਰ ਪਾਈਪਾਂ ਵਿਛਾਈਆਂ ਅਤੇ ਖਾਲੇ ਬਣਾਏ ਹਨ। ਹੁਣ ਤੱਕ ਇਨ੍ਹਾਂ ਪਾਈਪਲਾਈਨਾਂ ਅਤੇ ਖਾਲਿਆਂ ਵਿੱਚ 21,000 ਕਿਊਸਿਕ ਪਾਣੀ ਛੱਡਿਆ ਜਾ ਚੁੱਕਾ ਹੈ ਤਾਂ ਜੋ ਕਿਸਾਨਾਂ ਦੀ ਸਿੰਚਾਈ ਦੀਆਂ ਲੋੜਾਂ ਨੂੰ ਪੂਰਾ ਕਰਕੇ ਉਨ੍ਹਾਂ ਨੂੰ ਵੱਡਾ ਲਾਭ ਪਹੁੰਚਾਇਆ ਜਾ ਸਕੇ। ਨਹਿਰਾਂ ਅਤੇ ਨਦੀਆਂ ਵਿੱਚ ਰੀਚਾਰਜ ਪੁਆਇੰਟ ਰੱਖੇ ਗਏ ਹਨ ਤਾਂ ਜੋ ਪਾਣੀ ਦਾ ਪੱਧਰ ਉੱਚਾ ਚੁੱਕਿਆ ਜਾ ਸਕੇ ਅਤੇ ਇਸ ਨਾਲ ਪਾਣੀ ਦਾ ਪੱਧਰ ਦੋ ਤੋਂ ਚਾਰ ਮੀਟਰ ਤੱਕ ਵਧਿਆ ਹੈ।”
ਸਿੰਚਾਈ ਅਤੇ ਬੇਅਦਬੀ ਦੇ ਮੁੱਦੇ ‘ਤੇ ਅਕਾਲੀਆਂ ‘ਤੇ ਤਿੱਖਾ ਹਮਲਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਕਾਲੀਆਂ, ਖਾਸ ਕਰਕੇ ਬਾਦਲਾਂ ਨੂੰ ਕਦੇ ਇਹ ਪਤਾ ਹੀ ਨਹੀਂ ਸੀ ਕਿ ਇੱਕ ਆਮ ਕਿਸਾਨ ਲਈ ਨਹਿਰੀ ਪਾਣੀ ਦੇ ਕੀ ਮਾਅਨੇ ਹਨ, ਕਿਉਂਕਿ ਖਾਲ ਸਿਰਫ਼ ਉਨ੍ਹਾਂ ਦੇ ਆਪਣੇ ਖੇਤਾਂ ਵਿੱਚ ਹੀ ਖ਼ਤਮ ਹੁੰਦੇ ਸਨ। ਜਦੋਂ ਉਹ ਸੱਤਾ ਵਿੱਚ ਸਨ ਤਾਂ ਉਹ ਅਜਿਹਾ ਕਾਨੂੰਨ ਬਣਾਉਣ ਲਈ ਕਦੇ ਵੀ ਗੰਭੀਰ ਨਹੀਂ ਸਨ। ਸੱਚਾਈ ਇਹ ਹੈ ਕਿ ਉਨ੍ਹਾਂ ਦੀ ਨੀਅਤ ਵਿੱਚ ਖੋਟ ਸੀ। ਅਕਾਲੀਆਂ ਨੇ ਆਪਣੇ ਸਿਆਸੀ ਹਿੱਤਾਂ ਲਈ ਬੇਅਦਬੀ ਦੀਆਂ ਘਟਨਾਵਾਂ ਹੋਣ ਦਿੱਤੀਆਂ। ਅਕਾਲੀ ਦਲ ਹੁਣ ਸਿਰਫ਼ ‘ਨਨਾਣ-ਭਰਜਾਈ’ ਦੀ ਪਾਰਟੀ ਬਣ ਕੇ ਰਹਿ ਗਿਆ ਹੈ, ਕਿਉਂਕਿ ਨਨਾਣ ਐਮ.ਪੀ. ਹੈ ਅਤੇ ਭਰਜਾਈ ਪੰਜਾਬ ਵਿਧਾਨ ਸਭਾ ਵਿੱਚ ਐਮ.ਐਲ.ਏ. ਹੈ।”
ਸੁਖਬੀਰ ਬਾਦਲ ‘ਤੇ ਤਨਜ਼ ਕਸਦਿਆਂ ਉਨ੍ਹਾਂ ਕਿਹਾ, “ਸੁਖਬੀਰ ਬਾਦਲ ਸਾਲ 2022 ਦੀ ਹਾਰ ਕਾਰਨ ਅਜੇ ਵੀ ਸਦਮੇ ਵਿੱਚ ਹਨ ਅਤੇ ਅਜੇ ਵੀ ਸੁਪਨਿਆਂ ਦੀ ਦੁਨੀਆ ਵਿੱਚ ਜਿਉਂ ਰਹੇ ਹਨ, ਜੋ ਉਨ੍ਹਾਂ ਦੇ ਬਿਆਨਾਂ ਤੋਂ ਸਾਫ਼ ਝਲਕਦਾ ਹੈ। ਸਾਬਕਾ ਉਪ ਮੁੱਖ ਮੰਤਰੀ ਨੇ ਹਾਲ ਹੀ ਵਿੱਚ ਕਿਹਾ ਹੈ ਕਿ ਉਨ੍ਹਾਂ ਨੇ ਆਪਣੇ ਸਾਰੇ ਵਿਧਾਇਕਾਂ ਨੂੰ ਵਿਧਾਨ ਸਭਾ ਵਿੱਚ ਨਾ ਜਾਣ ਦੇ ਆਦੇਸ਼ ਦਿੱਤੇ ਹਨ, ਉਹ ਇਹ ਭੁੱਲ ਗਏ ਹਨ ਕਿ ਅਕਾਲੀ ਦਲ ਦਾ ਹੁਣ ਸਿਰਫ਼ ਇੱਕ ਹੀ ਵਿਧਾਇਕ ਬਚਿਆ ਹੈ, ਜੋ ਕਿ ਉਨ੍ਹਾਂ ਦਾ ਰਿਸ਼ਤੇਦਾਰ ਹੀ ਹੈ। ਅਕਾਲੀ, ਕਾਂਗਰਸ ਅਤੇ ਭਾਜਪਾ ਜਾਣਦੇ ਹਨ ਕਿ ਉਹ ਸਿਆਸੀ ਤੌਰ ‘ਤੇ ਮੇਰਾ ਮੁਕਾਬਲਾ ਨਹੀਂ ਕਰ ਸਕਦੇ, ਇਸ ਲਈ ਉਹ ਜਾਅਲੀ ਵੀਡੀਓਜ਼ ਰਾਹੀਂ ਧਾਰਮਿਕ ਮੁੱਦਿਆਂ ‘ਤੇ ਮੈਨੂੰ ਬਦਨਾਮ ਕਰਨ ਲਈ ਇਕੱਠੇ ਹੋ ਗਏ ਹਨ।”
ਉਨ੍ਹਾਂ ਅੱਗੇ ਕਿਹਾ, “ਅਕਾਲੀ ਆਗੂਆਂ ਨੇ ਆਪਣੇ ਲੰਮੇ ਅਤੇ ਜ਼ਾਲਮਾਨਾ ਰਾਜ ਦੌਰਾਨ ਸੂਬੇ ਨੂੰ ਬੇਰਹਿਮੀ ਨਾਲ ਲੁੱਟਿਆ ਅਤੇ ਆਮ ਆਦਮੀ ‘ਤੇ ਅਣਗਿਣਤ ਅਤੇ ਨਾ-ਮਾਫ਼ੀਯੋਗ ਜ਼ੁਲਮ ਕੀਤੇ। ਅਕਾਲੀਆਂ ਨੇ ਪੰਜਾਬੀਆਂ ਦੀ ਮਾਨਸਿਕਤਾ ਨੂੰ ਗਹਿਰੀ ਠੇਸ ਪਹੁੰਚਾਈ ਅਤੇ ਪੰਜਾਬ ਨੂੰ ਬਰਬਾਦ ਕਰਨ ਲਈ ਸੂਬੇ ਵਿੱਚ ਕਈ ਮਾਫੀਏ ਨੂੰ ਪਨਾਹ ਦਿੱਤੀ। ਅਕਾਲੀ ਲੀਡਰਸ਼ਿਪ ਨੂੰ ਕਦੇ ਵੀ ਮੁਆਫ਼ ਨਹੀਂ ਕੀਤਾ ਜਾ ਸਕਦਾ ਕਿਉਂਕਿ ਉਹ ਸੂਬੇ ਦੀਆਂ ਕਈ ਪੀੜ੍ਹੀਆਂ ਦੀ ਬਰਬਾਦੀ ਲਈ ਜ਼ਿੰਮੇਵਾਰ ਸੀ, ਕਿਉਂਕਿ ਉਨ੍ਹਾਂ ਦੇ ਲੰਬੇ ਕੁਸ਼ਾਸਨ ਦੌਰਾਨ ਨਸ਼ਿਆਂ ਦੇ ਕਾਰੋਬਾਰ ਨੂੰ ਸ਼ਹਿ ਮਿਲੀ। ਅਕਾਲੀਆਂ ਨੇ ਸੂਬੇ ਭਰ ਵਿੱਚ ‘ਚਿੱਟੇ’ ਦੀ ਸਪਲਾਈ ਲਈ ਆਪਣੀਆਂ ਸਰਕਾਰੀ ਗੱਡੀਆਂ ਦੀ ਵਰਤੋਂ ਕੀਤੀ ਅਤੇ ਸਾਡੇ ਨੌਜਵਾਨਾਂ ਦੇ ਸਿਵੇ ਬਲੇ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਰਵਾਇਤੀ ਸਿਆਸੀ ਪਾਰਟੀਆਂ ਲਗਾਤਾਰ ਮੇਰੇ ‘ਤੇ ਕੋਈ ਨਾ ਕੋਈ ਦੋਸ਼ ਲਾ ਕੇ ਮੈਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰਦੀਆਂ ਰਹਿੰਦੀਆਂ ਹਨ। ਹੁਣ ਐਸ.ਜੀ.ਪੀ.ਸੀ. (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਨੇ ਗੁਰਦੁਆਰਿਆਂ ਦੇ ਬਾਹਰ ਮੇਰੇ ਬਾਈਕਾਟ ਦੇ ਪੋਸਟਰ ਲਾਉਣ ਦੇ ਹੁਕਮ ਦਿੱਤੇ ਹਨ। ਹਾਲਾਂਕਿ, ਅਜਿਹੇ ਪੋਸਟਰ ਅਕਾਲੀ ਦਲ ਜਾਂ ਸੁਖਬੀਰ ਬਾਦਲ ਖ਼ਿਲਾਫ਼ ਕਿਉਂ ਨਹੀਂ ਲਾਏ ਗਏ ਜਦੋਂ ਉਨ੍ਹਾਂ ਨੇ ਬੇਅਦਬੀ ਦੀਆਂ ਘਟਨਾਵਾਂ ਦੀ ਜ਼ਿੰਮੇਵਾਰੀ ਕਬੂਲੀ ਸੀ? 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋ ਕੇ ਉਨ੍ਹਾਂ ਨੇ ਆਪਣੀਆਂ ਗ਼ਲਤੀਆਂ ਮੰਨੀਆਂ, ਗੁਨਾਹ ਕਬੂਲ ਕੀਤੇ, ਗੋਲੀਕਾਂਡ ਦੀਆਂ ਘਟਨਾਵਾਂ ਦੀ ਜ਼ਿੰਮੇਵਾਰੀ ਲਈ ਅਤੇ ਮੰਨਿਆ ਕਿ ਸੰਗਤ ਖ਼ਿਲਾਫ਼ ਹੁਕਮ ਦਿੱਤੇ ਗਏ ਸਨ। ਕੀ ਕਿਸੇ ਨੇ ਗੁਰਦੁਆਰਿਆਂ ਦੇ ਬਾਹਰ ਉਨ੍ਹਾਂ ਦੇ ਬਾਈਕਾਟ ਦੇ ਪੋਸਟਰ ਲਾਏ ਸਨ?”
ਸੂਬੇ ਭਰ ਵਿੱਚੋਂ ਮਿਲ ਰਹੇ ਜਨਤਕ ਹੁੰਗਾਰੇ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ, “ਸੰਗਤ ਸੂਝਵਾਨ ਹੈ ਅਤੇ ਲੋਕ ਹੀ ਸਰਵਉੱਚ ਹਨ। ਇਹ ਲੋਕ ਹੰਕਾਰ ਵਿੱਚ ਆ ਕੇ ਇਹ ਕੰਮ ਕਰ ਰਹੇ ਹਨ ਕਿਉਂਕਿ ਉਨ੍ਹਾਂ ਕੋਲ ਮੇਰੇ ਖ਼ਿਲਾਫ਼ ਕੋਈ ਅਸਲ ਮੁੱਦਾ ਨਹੀਂ ਬਚਿਆ। ਜਦੋਂ ਵੀ ਮੈਂ ਪਿੰਡਾਂ, ਸਮਾਜਿਕ ਇਕੱਠਾਂ ਅਤੇ ਜਨਤਕ ਮੀਟਿੰਗਾਂ ਵਿੱਚ ਜਾਂਦਾ ਹਾਂ ਤਾਂ ਭਾਰੀ ਇਕੱਠ ਹੁੰਦਾ ਹੈ। ਵਿਰੋਧੀ ਧਿਰ ਇਸ ਭੀੜ ਨੂੰ ਬਰਦਾਸ਼ਤ ਨਹੀਂ ਕਰ ਸਕਦੀ ਕਿਉਂਕਿ ਉਹ ਖ਼ੁਦ ਅਜਿਹੀ ਜਨਤਕ ਹਮਾਇਤ ਹਾਸਲ ਨਹੀਂ ਕਰ ਸਕਦੇ। ਇਸ ਤੋਂ ਬੁਖਲਾ ਕੇ ਰਵਾਇਤੀ ਪਾਰਟੀਆਂ ਮੇਰੇ ‘ਤੇ ਬੇਬੁਨਿਆਦ ਦੋਸ਼ ਲਾ ਕੇ ਬਹੁਤ ਘਟੀਆ ਪੱਧਰ ‘ਤੇ ਉਤਰ ਰਹੀਆਂ ਹਨ, ਜਿਸ ਨੂੰ ਲੋਕ ਬਰਦਾਸ਼ਤ ਨਹੀਂ ਕਰਨਗੇ।”
ਕਾਂਗਰਸ ਪਾਰਟੀ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ, “ਕਾਂਗਰਸ ਪਾਰਟੀ ਆਪਣੇ ਆਖਰੀ ਸਾਹਾਂ ‘ਤੇ ਹੈ ਅਤੇ ਬਹੁਤ ਜਲਦੀ ਖ਼ਤਮ ਹੋ ਜਾਵੇਗੀ ਕਿਉਂਕਿ ਉਸ ਕੋਲ ਲੋਕਾਂ ਅਤੇ ਸੂਬੇ ਲਈ ਕੋਈ ਵਿਜ਼ਨ ਨਹੀਂ ਹੈ। ਉਨ੍ਹਾਂ ਦਾ ਇੱਕੋ-ਇੱਕ ਮਕਸਦ ਸੱਤਾ ਹਥਿਆ ਕੇ ਪੰਜਾਬ ਦੀ ਦੌਲਤ ਨੂੰ ਲੁੱਟਣਾ ਹੈ, ਪਰ ਉਨ੍ਹਾਂ ਦੇ ਸੁਪਨੇ ਕਦੇ ਪੂਰੇ ਨਹੀਂ ਹੋਣਗੇ। ਕਾਂਗਰਸ ਪਾਰਟੀ ਖੇਰੂੰ-ਖੇਰੂੰ ਹੋਇਆ ਘਰ ਹੈ ਜੋ ਆਪਣੀ ਅੰਦਰੂਨੀ ਲੜਾਈ ਕਾਰਨ ਢਹਿ-ਢੇਰੀ ਹੋ ਜਾਵੇਗਾ। ਇਹ ਅਫ਼ਸੋਸ ਦੀ ਗੱਲ ਹੈ ਕਿ ਕਾਂਗਰਸ ਦੇ ਵੱਡੇ ਆਗੂ ਜੋ ਸੱਤਾ ਲਈ ਆਪਸ ਵਿੱਚ ਲੜ ਰਹੇ ਇਨ੍ਹਾਂ ਆਗੂਆਂ ਨੂੰ ਇੱਕਜੁੱਟ ਕਰਨ ਆਉਂਦੇ ਹਨ, ਉਨ੍ਹਾਂ ਨੂੰ ਇਨ੍ਹਾਂ ਦੇ ਨਾਮ ਉਚਾਰਨ ਕਰਨੇ ਵੀ ਨਹੀਂ ਆਉਂਦੇ।”
ਸਰਕਾਰ ਦੇ ਲੋਕ-ਪੱਖੀ ਸ਼ਾਸਨ ਮਾਡਲ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ, “ਆਪ ਸਰਕਾਰ ਸੂਬੇ ਦੇ ਖ਼ਜ਼ਾਨੇ ਦੇ ਇੱਕ-ਇੱਕ ਪੈਸੇ ਦੀ ਵਰਤੋਂ ਸੂਬੇ ਦੇ ਲੋਕਾਂ ਦੀ ਭਲਾਈ ਲਈ ਸੁਚੱਜੇ ਢੰਗ ਨਾਲ ਕਰ ਰਹੀ ਹੈ। ਸੂਬੇ ਦੇ 90  ਫੀਸਦ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ। ਇੱਥੋਂ ਤੱਕ ਕਿ ਕਿਸਾਨਾਂ ਨੂੰ ਵੀ ਅੱਜ ਦਿਨ ਵੇਲੇ ਬਿਜਲੀ ਮਿਲ ਰਹੀ ਹੈ, ਜੋ ਕਿ ਪਹਿਲਾਂ ਕਦੇ ਨਹੀਂ ਹੋਇਆ। ਲੋਕਾਂ ਦੇ ਟੈਕਸ ਦਾ ਪੈਸਾ ਸੂਬੇ ਦਾ ਹੈ ਅਤੇ ਅਸੀਂ ਇਸ ਨੂੰ ਲੋਕਾਂ ਦੀ ਭਲਾਈ ਲਈ ਸਮਝਦਾਰੀ ਨਾਲ ਖ਼ਰਚ ਕਰ ਰਹੇ ਹਾਂ। ਲੋਕਾਂ ਦਾ ਪੈਸਾ ਵਿਕਾਸ, ਸਕੂਲਾਂ, ਹਸਪਤਾਲਾਂ ਅਤੇ ਸੜਕਾਂ ਰਾਹੀਂ ਲੋਕਾਂ ਕੋਲ ਵਾਪਸ ਆ ਰਿਹਾ ਹੈ।”
ਆਪਣੀ ਸਰਕਾਰ ਦੀਆਂ ਪ੍ਰਮੁੱਖ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਸੂਬਾ ਸਰਕਾਰ ਹੁਣ ਲੋਕਾਂ ਲਈ ਕੰਮ ਕਰ ਰਹੀ ਹੈ ਅਤੇ ਉਸ ਨੇ ਘਰਾਂ ਨੂੰ ਮੁਫ਼ਤ ਬਿਜਲੀ, 68,000 ਤੋਂ ਵੱਧ ਨੌਜਵਾਨਾਂ ਨੂੰ ਬਿਨਾਂ ਕਿਸੇ ਭ੍ਰਿਸ਼ਟਾਚਾਰ ਦੇ ਨੌਕਰੀਆਂ, ਬਿਹਤਰ ਸੜਕਾਂ, ਰੋਜ਼ਾਨਾ 70 ਲੱਖ ਰੁਪਏ ਦੀ ਬੱਚਤ ਕਰਨ ਵਾਲੇ ਟੋਲ ਪਲਾਜ਼ੇ ਬੰਦ ਕੀਤੇ ਹਨ, ਮਿਆਰੀ ਸਿੱਖਿਆ ਅਤੇ ਸਿਹਤ ਸਹੂਲਤਾਂ ਦਿੱਤੀਆਂ ਹਨ, ਅਤੇ ਹੋਰ ਕਈ ਅਹਿਮ ਪਹਿਲਕਦਮੀਆਂ ਤੋਂ ਇਲਾਵਾ ਬੁਨਿਆਦੀ ਢਾਂਚਾ ਤਿਆਰ ਕੀਤਾ ਹੈ। ਸੂਬਾ ਸਰਕਾਰ ਪਿੰਡਾਂ ਦੇ ਵਿਕਾਸ ਲਈ ਅਣਥੱਕ ਕੰਮ ਕਰ ਰਹੀ ਹੈ, ਜਿਸ ਲਈ ਗ੍ਰਾਂਟਾਂ ਦਿੱਤੀਆਂ ਜਾ ਰਹੀਆਂ ਹਨ। ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਕਰਨ ਲਈ ਸੂਬੇ ਵਿੱਚ 3,100 ਖੇਡ ਮੈਦਾਨ ਬਣਾਏ ਜਾ ਰਹੇ ਹਨ।”
ਸੂਬੇ ਦੇ ਸਿਹਤ ਸੰਭਾਲ ਸੁਧਾਰਾਂ ਬਾਰੇ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ, “ਲੋਕਾਂ ਨੂੰ ਵਿਆਪਕ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਸ਼ੁਰੂ ਕੀਤੀ ਹੈ, ਜੋ ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਯੋਜਨਾ ਹੈ ਜੋ ਪੰਜਾਬ ਦੇ ਹਰੇਕ ਨਿਵਾਸੀ ਪਰਿਵਾਰ ਲਈ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ (ਨਕਦੀ ਰਹਿਤ) ਇਲਾਜ ਪ੍ਰਦਾਨ ਕਰਦੀ ਹੈ। ਇਹ ਬਹੁਤ ਹੀ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਪੰਜਾਬ ਅਜਿਹੀ ਵਿਆਪਕ ਸਿਹਤ ਬੀਮਾ ਸਹੂਲਤ ਦੇਣ ਵਾਲਾ ਪਹਿਲਾ ਭਾਰਤੀ ਸੂਬਾ ਹੈ, ਜਿਸ ਨੇ ਮਿਆਰੀ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਂਦੇ ਹੋਏ ਜਨਤਾ ‘ਤੇ ਵਿੱਤੀ ਬੋਝ ਨੂੰ ਕਾਫ਼ੀ ਘੱਟ ਕੀਤਾ ਹੈ। ਇਹ ਇਤਿਹਾਸਕ ਕਦਮ ਸੂਬੇ ਦੇ ਸਾਰੇ ਪਰਿਵਾਰਾਂ ਨੂੰ ਵਿਆਪਕ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਚੁੱਕਿਆ ਗਿਆ ਹੈ। ਲੋਕ ਹੁਣ ਤੱਕ 650 ਕਰੋੜ ਰੁਪਏ ਤੋਂ ਵੱਧ ਦਾ ਮੁਫ਼ਤ ਇਲਾਜ ਕਰਵਾ ਚੁੱਕੇ ਹਨ।”
‘ਮਾਵਾਂ ਧੀਆਂ ਸਤਿਕਾਰ ਯੋਜਨਾ’ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਅੱਗੇ ਕਿਹਾ, “1 ਜੁਲਾਈ ਤੋਂ 18 ਸਾਲ ਤੋਂ ਵੱਧ ਉਮਰ ਦੀਆਂ ਮਹਿਲਾ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਮੋਬਾਈਲ ਫੋਨਾਂ ‘ਤੇ ਐਸ.ਸੀ. ਵਰਗ ਦੀਆਂ ਔਰਤਾਂ ਲਈ 1,500 ਰੁਪਏ ਦੀ ਵਿੱਤੀ ਸਹਾਇਤਾ ਅਤੇ ਬਾਕੀ ਸਾਰੇ ਵਰਗਾਂ ਦੀਆਂ ਔਰਤਾਂ ਲ਼ਈ 100 ਰੁਪਏ ਪ੍ਰਤੀ ਮਹੀਨਾ ਦੀ ਵਿੱਤੀ ਸਹਾਇਤਾ ਦੇ ਨੋਟੀਫਿਕੇਸ਼ਨ ਮਿਲਣਗੇ। ਫੰਡ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੇ ਜਾਣਗੇ ਅਤੇ ਜੋ ਔਰਤਾਂ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨਾਂ ਪ੍ਰਾਪਤ ਕਰ ਰਹੀਆਂ ਹਨ, ਉਹ ਵੀ ਇਸ ਲਈ ਯੋਗ ਹੋਣਗੀਆਂ। ਪੰਜਾਬ ਵਿੱਚ ਲਗਭਗ 97 ਫੀਸਦ ਔਰਤਾਂ ਨੂੰ ਇਸ ਦਾ ਲਾਭ ਮਿਲਣ ਦੀ ਉਮੀਦ ਹੈ, ਅਤੇ ਸੂਬਾ ਸਰਕਾਰ ਨੇ ਬਜਟ ਵਿੱਚ ਇਸ ਲਈ 9,300 ਕਰੋੜ ਰੁਪਏ ਅਲਾਟ ਕੀਤੇ ਹਨ।”
ਨਸ਼ਾ ਵਿਰੋਧੀ ਮੁਹਿੰਮ ਦੀ ਸਫ਼ਲਤਾ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, “‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਿਆਂ ਦੀ ਲਾਹਨਤ ਦਾ ਲੱਕ ਤੋੜਨ ਵਿੱਚ ਸਹਾਈ ਸਿੱਧ ਹੋਈ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਇਸ ਲਾਹਨਤ ਨੂੰ ਸੂਬੇ ਵਿੱਚੋਂ ਖ਼ਤਮ ਕੀਤਾ ਜਾ ਸਕਦਾ ਹੈ। ਨਸ਼ਿਆਂ ਦੀ ਸਪਲਾਈ ਲਾਈਨ ਪਹਿਲਾਂ ਹੀ ਤੋੜ ਦਿੱਤੀ ਗਈ ਹੈ ਅਤੇ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਡੱਕ ਦਿੱਤਾ ਗਿਆ ਹੈ। ਇਸ ਮੁਹਿੰਮ ਦੀ ਰਫ਼ਤਾਰ ਨੂੰ ਬਰਕਰਾਰ ਰੱਖਣਾ ਹੋਵੇਗਾ। ਸਮੇਂ ਦੀ ਲੋੜ ਇਸ ਮੁਹਿੰਮ ਨੂੰ ਹੋਰ ਤੇਜ਼ ਕਰਨ ਦੀ ਹੈ, ਜਿਸ ਲਈ ਲੋਕਾਂ ਨੂੰ ਅੱਗੇ ਆਉਣਾ ਚਾਹੀਦਾ ਹੈ।”
ਪੰਜਾਬ ਦੇ ਸਿੱਖਿਆ ਖੇਤਰ ਵਿੱਚ ਆਏ ਬਦਲਾਅ ਬਾਰੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ, “ਸੱਤਾ ਸੰਭਾਲਣ ਤੋਂ ਬਾਅਦ ਮੈਂ ਸੂਬੇ ਦੀ ਤਰੱਕੀ ਤੇ ਖ਼ੁਸ਼ਹਾਲੀ, ਖ਼ਾਸ ਕਰਕੇ ਸਿੱਖਿਆ ਖੇਤਰ ‘ਤੇ ਵਿਸ਼ੇਸ਼ ਧਿਆਨ ਦਿੱਤਾ। ਪਿਛਲੀਆਂ ਸਰਕਾਰਾਂ ਨੇ ਸੂਬੇ ਭਰ ਦੇ ਸਕੂਲਾਂ ਨੂੰ ਸਿਰਫ਼ ‘ਮਿਡ-ਡੇ-ਮੀਲ ਸੈਂਟਰ’ ਬਣਾ ਕੇ ਰੱਖ ਦਿੱਤਾ ਸੀ, ਪਰ ਹੁਣ ਇਹ ਸਕੂਲ ਸਿੱਖਿਆ ਦੇ ਕੇਂਦਰ ਬਣ ਗਏ ਹਨ। ਪੰਜਾਬ ਸਰਕਾਰ ਸੂਬੇ ਵਿੱਚ ਸਿੱਖਿਆ ਨੂੰ ਹੁਲਾਰਾ ਦੇਣ ਅਤੇ ਗਰੀਬ ਵਿਦਿਆਰਥੀਆਂ ਲਈ ਮਿਆਰੀ ਸਿੱਖਿਆ ਤੱਕ ਪਹੁੰਚ ਯਕੀਨੀ ਬਣਾਉਣ ਦੇ ਮਿਸ਼ਨ ‘ਤੇ ਕੰਮ ਕਰ ਰਹੀ ਹੈ।”
ਸਕੂਲੀ ਸਿੱਖਿਆ ਵਿੱਚ ਪੰਜਾਬ ਦੀ ਤਾਜ਼ਾ ਪ੍ਰਾਪਤੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਸੂਬਾ ਸਰਕਾਰ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਪੰਜਾਬ ਨੇ ਕੇਰਲ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜ ਕੇ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਵਿੱਚ ਨੰਬਰ ਇੱਕ ਸਥਾਨ ਹਾਸਲ ਕੀਤਾ ਹੈ। ਸੂਬਾ ਸਰਕਾਰ ਨੇ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਨੂੰ ਅਪਗ੍ਰੇਡ ਕੀਤਾ ਹੈ, ਪ੍ਰਣਾਲੀ ਨੂੰ ਮਜ਼ਬੂਤ ਕੀਤਾ ਹੈ, ਸਮਾਰਟ ਕਲਾਸਰੂਮ ਸ਼ੁਰੂ ਕੀਤੇ ਹਨ ਅਤੇ ਅਧਿਆਪਕਾਂ ਨੂੰ ਉੱਨਤ ਸਿਖਲਾਈ ਪ੍ਰਦਾਨ ਕੀਤੀ ਹੈ।”
ਉਨ੍ਹਾਂ ਕਿਹਾ ਕਿ “ਇਨ੍ਹਾਂ ਯਤਨਾਂ ਦੇ ਨਤੀਜੇ ਵਜੋਂ ਪੰਜਾਬ, ਸਕੂਲੀ ਸਿੱਖਿਆ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਿਹਾ ਹੈ। ਭਾਰਤ ਸਰਕਾਰ ਦੀਆਂ ਪ੍ਰਮੁੱਖ ਸੰਸਥਾਵਾਂ ਵਿੱਚੋਂ ਇੱਕ ਨੀਤੀ ਆਯੋਗ ਨੇ ਨਵੇਂ ਅੰਕੜੇ ਜਾਰੀ ਕੀਤੇ ਹਨ ਜੋ ਦਿਖਾਉਂਦੇ ਹਨ ਕਿ ਪੰਜਾਬ ਨੇ ਕੇਰਲ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜ ਕੇ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਵਿੱਚ ਨੰਬਰ ਇੱਕ ਸਥਾਨ ਹਾਸਲ ਕੀਤਾ ਹੈ।”  
ਲੋਕ ਮਿਲਣੀ ਦੀਆਂ ਕੁਝ ਝਲਕੀਆਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ  ‘ਤੇ ਲਿਖਿਆ: “ਭਲੂਰ ਵਿਖੇ ਲੋਕ ਮਿਲਣੀ ਵਿੱਚ ਸ਼ਾਮਲ ਹੋਣ ਵਾਲੇ ਹਰ ਵਿਅਕਤੀ ਦਾ ਤਹਿ ਦਿਲੋਂ ਧੰਨਵਾਦ। ਕੜਕਦੀ ਧੁੱਪ ਦੇ ਬਾਵਜੂਦ ਤੁਹਾਡਾ ਉੱਥੇ ਪਹੁੰਚਣ ਲਈ ਚੁੱਕਿਆ ਹਰ ਕਦਮ ਮੇਰੇ ਲਈ ਬਹੁਤ ਮਾਇਨੇ ਰੱਖਦਾ ਹੈ। ਪਿੰਡ ਦੇ ਵਿਕਾਸ ਲਈ ਅੱਜ 51 ਲੱਖ ਰੁਪਏ ਦਾ ਚੈੱਕ ਸੌਂਪਿਆ ਗਿਆ। ਅੱਜ ਪੰਜਾਬ ਦੇ 90 ਫੀਸਦ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਹਨ, ਜਦਕਿ ਸੂਬਾ ਮੁਫ਼ਤ ਸਿਹਤ ਸੰਭਾਲ ਅਤੇ ਸਿੱਖਿਆ ਵਿੱਚ ਨੰਬਰ ਇਕ ਬਣ ਕੇ ਉੱਭਰਿਆ ਹੈ। ਅਸੀਂ ਇਹ ਯਕੀਨੀ ਬਣਾਇਆ ਹੈ ਕਿ 80 ਫੀਸਦ ਕਿਸਾਨਾਂ ਨੂੰ ਹੁਣ ਨਹਿਰੀ ਪਾਣੀ ਮਿਲੇ ਅਤੇ ਆਉਣ ਵਾਲੇ ਦਿਨਾਂ ਵਿੱਚ ਭਲੂਰ ਦੇ ਹਰ ਖੇਤ ਨੂੰ ਨਹਿਰੀ ਮੋਘੇ  ਨਾਲ ਜੋੜਿਆ ਜਾਵੇਗਾ।”
ਉਨ੍ਹਾਂ ਅੱਗੇ ਕਿਹਾ, “ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ ਹਨ, ਅਤੇ ਨਸ਼ਿਆਂ ਦੀ ਲਾਹਨਤ ਵਿਰੁੱਧ ਸਾਡੀ ਮੁਹਿੰਮ ਪੂਰੀ ਤਾਕਤ ਨਾਲ ਜਾਰੀ ਰਹੇਗੀ। ਅੱਜ ਤੁਸੀਂ ਜੋ ਭਰਵਾਂ ਪਿਆਰ ਅਤੇ ਸਮਰਥਨ ਦਿਖਾਇਆ ਹੈ, ਉਸ ਤੋਂ ਸਾਫ਼ ਹੈ ਕਿ ਤੁਸੀਂ ਰਵਾਇਤੀ ਸਿਆਸੀ ਆਗੂਆਂ ਨੂੰ ਹਮੇਸ਼ਾ ਲਈ ਅਲਵਿਦਾ ਕਹਿਣ ਲਈ ਤਿਆਰ ਹੋ। ਆਓ, ਆਪਾਂ ਸਾਰੇ ਮਿਲ ਕੇ ਪੰਜਾਬ ਨੂੰ ਹੋਰ ਖ਼ੁਸ਼ਹਾਲ ਬਣਾਈਏ ਅਤੇ ਇਸ ਨੂੰ ਤਰੱਕੀ ਦੀਆਂ ਨਵੀਂਆਂ ਬੁਲੰਦੀਆਂ ‘ਤੇ ਲੈ ਕੇ ਜਾਈਏ।”  

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਰਵਉੱਚ ਸਤਿਕਾਰ, ਸਰਕਾਰ ਵਿਚਾਰੇ ਗਏ ਮਾਮਲਿਆਂ ‘ਤੇ ਵਿਚਾਰ ਕਰੇਗੀ : ਕੁਲਤਾਰ ਸਿੰਘ ਸੰਧਵਾਂ

ਪੰਜਾਬ ਸਰਕਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪ੍ਰਸਤਾਵਿਤ ਸੋਧਾਂ ਦੀ ਪੜਚੋਲ ਕਰੇਗੀ ਅਤੇ ਸਕਾਰਾਤਮਕ ਫੈਸਲਾ ਲਵੇਗੀ: ਹਰਪਾਲ ਸਿੰਘ ਚੀਮਾ

ਸ੍ਰੀ ਅੰਮ੍ਰਿਤਸਰ ਸਾਹਿਬ, 30 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਨਿਮਰਤਾ ਅਤੇ ਸ਼ਰਧਾ ਦੀ ਭਾਵਨਾ ਨਾਲ, ਪੰਜਾਬ ਦੇ ਸਿੱਖ ਵਿਧਾਇਕਾਂ ਅਤੇ ਮੰਤਰੀਆਂ ਨੇ ਸੋਮਵਾਰ ਨੂੰ ਅੰਮ੍ਰਿਤਸਰ ਵਿਖੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨੰਗੇ ਪੈਰੀਂ ਹਾਜ਼ਰੀ ਭਰੀ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿੱਖਾਂ ਦੀ ਸਰਵਉੱਚ ਸੰਸਥਾ ਪ੍ਰਤੀ ਆਪਣੀ ਡੂੰਘੀ ਸ਼ਰਧਾ ਨੂੰ ਦੁਹਰਾਇਆ ਅਤੇ ਕਿਹਾ ਕਿ ਪੰਜਾਬ ਸਰਕਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਅਤੇ ਪਵਿੱਤਰਤਾ ਨੂੰ ਪੂਰੀ ਤਰ੍ਹਾਂ ਕਾਇਮ ਰੱਖਦੇ ਹੋਏ ਪ੍ਰਾਪਤ ਹੋਏ ਸੁਝਾਵਾਂ ‘ਤੇ ਯੋਗ ਵਿਚਾਰ ਕਰੇਗੀ।

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਅਤੇ ਕੈਬਨਿਟ ਮੰਤਰੀਆਂ ਤੇ ਵਿਧਾਇਕਾਂ ਸਮੇਤ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਉਨ੍ਹਾਂ ਨੂੰ ਗੁਰੂ ਰਾਮਦਾਸ ਜੀ ਦਾ ਆਸ਼ੀਰਵਾਦ ਲੈਣ ਅਤੇ ਸਤਿਕਾਰਯੋਗ ਜਥੇਦਾਰ ਸਾਹਿਬ ਨਾਲ ਸਾਰਥਕ ਵਿਚਾਰ-ਵਟਾਂਦਰਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ, “ਮੈਂ ਖੁਸ਼ਕਿਸਮਤ ਸੀ ਕਿ ਮੈਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਅਤੇ ਉਸ ਤੋਂ ਪਹਿਲਾਂ ਜਥੇਦਾਰ ਸਾਹਿਬ ਦੇ ਸੱਦੇ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣ ਦਾ ਮੌਕਾ ਮਿਲਿਆ। ਪੰਜਾਬ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਦੇ ਨਾਲ, ਸਾਡੀ ਸਤਿਕਾਰਯੋਗ ਜਥੇਦਾਰ ਸਾਹਿਬ ਨਾਲ ਲੰਮੀ, ਸਾਰਥਕ ਅਤੇ ਉਸਾਰੂ ਚਰਚਾ ਹੋਈ। ਮੈਂ ਅਰਦਾਸ ਕਰਦਾ ਹਾਂ ਕਿ ਗੁਰੂ ਸਾਹਿਬ ਸਾਡੇ ਸਾਰਿਆਂ ‘ਤੇ ਆਪਣੀ ਮਿਹਰ ਭਰਿਆ ਹੱਥ ਰੱਖਣ।”

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਰਵਉੱਚ ਸਤਿਕਾਰ ‘ਤੇ ਜ਼ੋਰ ਦਿੰਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ, “ਸ੍ਰੀ ਅਕਾਲ ਤਖ਼ਤ ਸਾਹਿਬ ਇੱਕ ਪਵਿੱਤਰ ਸੰਸਥਾ ਹੈ ਜੋ ਪੰਜਾਬ ਦੇ ਲੋਕਾਂ ਦੇ ਨਾਲ-ਨਾਲ ਪੰਜਾਬ ਸਰਕਾਰ ਦੇ ਦਿਲਾਂ ਵਿੱਚ ਵੀ ਬਹੁਤ ਸਤਿਕਾਰ ਰੱਖਦੀ ਹੈ। ਅਸੀਂ ਜਥੇਦਾਰ ਸਾਹਿਬ, ਇਸ ਸੰਸਥਾ, ਸਿੱਖ ਪੰਥ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰਵਉੱਚ ਸਤਿਕਾਰ ਕਰਦੇ ਹਾਂ।”

ਉਨ੍ਹਾਂ ਕਿਹਾ ਕਿ ਸੰਸਥਾ ਦੀ ਮਰਿਆਦਾ ਅਤੇ ਪਵਿੱਤਰਤਾ ਨੂੰ ਮੁੱਖ ਰੱਖਦਿਆਂ ਹੋਏ ਵਿਚਾਰ-ਵਟਾਂਦਰੇ ਦੇ ਵੇਰਵਿਆਂ ਨੂੰ ਜਨਤਕ ਕਰਨਾ ਉਚਿਤ ਨਹੀਂ ਹੋਵੇਗਾ। ਉਨ੍ਹਾਂ ਅੱਗੇ ਕਿਹਾ, “ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਿਚਾਰੇ ਗਏ ਮਾਮਲਿਆਂ ਤੋਂ ਸਰਕਾਰ ਨੂੰ ਯੋਗ ਵਿਚਾਰ ਵਾਸਤੇ ਜਾਣੂ ਕਰਵਾਇਆ ਜਾਵੇਗਾ। ਹਾਲਾਂਕਿ, ਇਸ ਪਵਿੱਤਰ ਸੰਸਥਾ ਦੀ ਮਰਿਆਦਾ ਅਤੇ ਸਤਿਕਾਰ ਨੂੰ ਮੁੱਖ ਰੱਖਦੇ ਹੋਏ, ਚਰਚਾ ਦੇ ਵੇਰਵਿਆਂ ਵਿੱਚ ਜਾਣਾ ਠੀਕ ਨਹੀਂ ਹੋਵੇਗਾ।”

ਇਸ ਦੌਰਾਨ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੇ ਪੰਜਾਬ ਸਰਕਾਰ ਨੂੰ ਪ੍ਰਸਤਾਵਿਤ ਸੋਧਾਂ ਅਤੇ ਸੁਝਾਵਾਂ ਦੀ ਪੜਚੋਲ ਕਰਨ ਲਈ ਇੱਕ ਮਹੀਨੇ ਦਾ ਸਮਾਂ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਪ੍ਰਸਤਾਵਿਤ ਸੋਧਾਂ ਅਤੇ ਸਿਫ਼ਾਰਸ਼ਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਹੀਂ ਰਸਮੀ ਤੌਰ ‘ਤੇ ਸਾਰਿਆਂ ਨਾਲ ਸਾਂਝੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ, “ਇੱਕ ਵਾਰ ਜਦੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪ੍ਰਸਤਾਵਿਤ ਸੋਧਾਂ ਪ੍ਰਾਪਤ ਹੋ ਜਾਣਗੀਆਂ, ਤਾਂ ਸਰਕਾਰ ਉਨ੍ਹਾਂ ਦੀ ਵਿਸਥਾਰਪੂਰਵਕ ਸਮੀਖਿਆ ਕਰੇਗੀ ਅਤੇ ਬਣਦੀ ਵਿਚਾਰ-ਚਰਚਾ ਤੋਂ ਬਾਅਦ ਢੁਕਵਾਂ ਫੈਸਲਾ ਲਵੇਗੀ।”

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ : ਅੱਜ ਦਾ ਹੁਕਮਨਾਮਾ

ਮੁੱਖਵਾਕ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ

30-06-2026

ਧਨਾਸਰੀ ਮਹਲਾ ੫ ॥

ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥ ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥ ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥ ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥ ਨਿਰਭਉ ਭਏ ਸਦਾ ਸੁਖ ਮਾਣੇ ਨਾਨਕ ਹਰਿ ਗੁਣ ਗਾਇ॥੨॥੧੭॥

ਮੰਗਲਵਾਰ, ੧੬ ਹਾੜ (ਸੰਮਤ ੫੫੮ ਨਾਨਕਸ਼ਾਹੀ)(ਅੰਗ: ੬੭੫)

ਪੰਜਾਬੀ ਵਿਆਖਿਆ

ਹੇ ਭਾਈ! ਜਿਸ ਗੁਰੂ ਨੇ ਸਰਨ ਆਏ ਹਰੇਕ ਮਨੁੱਖ ਦਾ ਬੋਦੀ ਵਾਲਾ ਤਾਰਾ ਹੀ ਸਦਾ ਕੱਟ ਦਿੱਤਾ ਹੈ(ਜੇਹੜਾ ਗੁਰੂ ਹਰੇਕ ਸਰਨ ਆਏ ਮਨੁੱਖ ਦੇ ਦੁੱਖਾਂ ਦੀ ਜੜ੍ਹ ਹੀ ਕੱਟ ਦੇਂਦਾ ਹੈ), ਉਹ ਗੁਰੂ ਮੇਰਾ ਭੀ ਸਦਾ ਲਈ ਮਦਦਗਾਰ ਬਣ ਗਿਆ ਹੈ, ਤੇ ਉਸ ਦੀ ਕਿਰਪਾ ਨਾਲ ਮੇਰਾ ਪਰਮਾਤਮਾ ਨਾਲ ਪਿਆਰ ਬਣ ਗਿਆ ਹੈ।੧।ਰਹਾਉ। ਹੇ ਭਾਈ! ਉਹ ਪਰਮਾਤਮਾ ਆਪਣੇ ਸੇਵਕਾਂ ਨੂੰ ਆਪਣੇ ਹੱਥ ਦੇ ਕੇ ਦੁੱਖਾਂ ਤੋਂ ਬਚਾਂਦਾ ਹੈ, ਸੇਵਕਾਂ ਨੂੰ ਆਪਣੇ ਬਣਾ ਕੇ ਉਹਨਾਂ ਦਾ ਸਾਰਾ ਦੁੱਖ-ਦਰਦ ਮਿਟਾ ਦੇਂਦਾ ਹੈ। ਪਰਮਾਤਮਾ ਆਪਣੇ ਸੇਵਕਾਂ ਦਾ ਆਪ ਮਦਦਗਾਰ ਬਣਦਾ ਹੈ, ਤੇ, ਉਹਨਾਂ ਦੀ ਨਿੰਦਾ ਕਰਨ ਵਾਲਿਆਂ ਦੇ ਮੂੰਹ ਕਾਲੇ ਕਰਦਾ ਹੈ।੧। ਹੇ ਨਾਨਕ! ਸਦਾ ਕਾਇਮ ਰਹਿਣ ਵਾਲਾ ਮਾਲਕ ਆਪਣੇ ਸੇਵਕਾਂ ਦਾ ਆਪ ਰਾਖਾ ਬਣਦਾ ਹੈ, ਉਹਨਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ। ਪਰਮਾਤਮਾ ਦੇ ਸੇਵਕ ਪਰਮਾਤਮਾ ਦੇ ਗੁਣ ਗਾ ਗਾ ਕੇ,ਤੇ, ਸਦਾ ਆਤਮਕ ਆਨੰਦ ਮਾਣ ਕੇ ਦੁੱਖਾਂ ਕਲੇਸ਼ਾਂ ਵਲੋਂ ਨਿਡਰ ਹੋ ਜਾਂਦੇ ਹਨ।੨।੧੭।

English Translation

DHANAASAREE, FIFTH MEHL:I have fallen in love with the Lord. My True Guru is always my help and support; He has torn down the banner of pain. || 1 || Pause || Giving me His hand, He has protected me as His own, and removed all my troubles. He has blackened the faces of the slanderers, and He Himself has become the help and support of His humble servant. || 1 || The True Lord and Master has become my Saviour; hugging me close in His embrace, He has saved me. Nanak has become fearless, and he enjoys eternal peace, singing the Glorious Praises of the Lord. || 2 || 17 ||Tuesday, 16th Assaar (Samvat 558 Nanakshahi)

ਜਲੰਧਰ ’ਚ ਵਾਪਰਿਆ ਭਿਆਨਕ ਸੜਕ ਹਾਦਸਾ, 4 ਦੀ ਮੌਤ

ਜਲੰਧਰ, 29 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਜਲੰਧਰ ਦੇ ਕਿਸ਼ਨਗੜ੍ਹ ਚੌਕ ਉਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ 4 ਲੋਕਾਂ ਦੀ ਮੌਤ ਹੋਣ ਦੀ ਦੁੱਖਦਾਈ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਕਿਸ਼ਨਗੜ੍ਹ ਚੌਕ ਨੇੜੇ ਦੋ ਕਾਰਾਂ ਦੀ ਆਪਸ ਵਿੱਚ ਜ਼ੋਰਦਾਰ ਟੱਕਰ ਹੋ ਗਈ। ਇਹ ਟੱਕਰ ਐਨੀ ਭਿਆਨਕ ਸੀ ਕਿ ਇਸ ਹਾਦਸੇ ਵਿੱਚ 2 ਔਰਤ, ਇਕ ਬੱਚਾ ਅਤੇ ਇਕ ਆਰਮੀ ਜਵਾਨ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਹਿੰਮਤਪੁਰ ਦਾ ਰਹਿਣ ਵਾਲਾ ਨੌਜਵਾਨ ਦੋ ਦਿਨ ਪਹਿਲਾਂ ਹੀ ਫੌਜ ਵਿਚੋਂ ਛੁੱਟੀ ਉਤੇ ਆਇਆ ਸੀ। ਅੱਜ ਪਰਿਵਾਰ ਨਾਲ ਮੱਥਾ ਟੇਕਣ ਲਈ ਹਜ਼ੂਰ ਸਾਹਿਬ ਜਾ ਰਿਹਾ ਸੀ। ਜਾਂਦੇ ਸਮੇਂ ਰਸਤੇ ਵਿੱਚ ਇਹ ਹਾਦਸਾ ਵਾਪਰ ਗਿਆ।

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵੱਲੋਂ SIR-2026 ਤਹਿਤ ਐਨੁਮੇਰੇਸ਼ਨ ਫਾਰਮਾਂ ਦੀ ਵੰਡ ਦਾ ਜਾਇਜ਼ਾ; ਪੋਲਿੰਗ ਬੂਥਾਂ ਦਾ ਕੀਤਾ ਦੌਰਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 29 ਜੂਨ:

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਕੋਮਲ ਮਿੱਤਲ ਨੇ ਅੱਜ ਵਿਸ਼ੇਸ਼ ਇੰਟੈਂਸਿਵ ਰੀਵਿਜ਼ਨ (ਐੱਸ.ਆਈ.ਆਰ.-2026) ਤਹਿਤ ਚੱਲ ਰਹੀ ਐਨੁਮੇਰੇਸ਼ਨ ਫਾਰਮਾਂ ਦੀ ਵੰਡ ਮੁਹਿੰਮ ਵਿੱਚ ਹੋਰ ਤੇਜ਼ੀ ਲਿਆਉਣ ਦੇ ਮੰਤਵ ਨਾਲ ਵਿਧਾਨ ਸਭਾ ਹਲਕਾ ਐੱਸ.ਏ.ਐੱਸ. ਨਗਰ ਦੇ ਬੜ੍ਹ ਮਾਜਰਾ ਇਲਾਕੇ ਦੇ ਪੋਲਿੰਗ ਬੂਥ ਨੰਬਰ 8, 9, 10, 11, 12, 16 ਅਤੇ 21 ਦਾ ਦੌਰਾ ਕਰਕੇ ਪ੍ਰਗਤੀ ਦਾ ਜਾਇਜ਼ਾ ਲਿਆ।

ਦੌਰੇ ਦੌਰਾਨ ਉਨ੍ਹਾਂ ਨੇ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼.) ਨਾਲ ਗੱਲਬਾਤ ਕਰਦਿਆਂ ਐਨੁਮੇਰੇਸ਼ਨ ਫਾਰਮਾਂ ਦੀ ਵੰਡ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਹਦਾਇਤ ਕੀਤੀ ਕਿ ਇਹ ਕਾਰਜ ਨਿਰਧਾਰਿਤ ਸਮਾਂ-ਸੀਮਾ ਅੰਦਰ ਪੂਰੀ ਜ਼ਿੰਮੇਵਾਰੀ ਅਤੇ ਪਾਰਦਰਸ਼ਤਾ ਨਾਲ ਮੁਕੰਮਲ ਕੀਤਾ ਜਾਵੇ ਤਾਂ ਜੋ ਕੋਈ ਵੀ ਯੋਗ ਵੋਟਰ ਇਸ ਪ੍ਰਕਿਰਿਆ ਤੋਂ ਵਾਂਝਾ ਨਾ ਰਹੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਐਨੁਮੇਰੇਸ਼ਨ ਫਾਰਮਾਂ ਦੀ ਵੰਡ ਅਤੇ ਇਕੱਤਰ ਕਰਨ ਦਾ ਕੰਮ 25 ਜੂਨ ਤੋਂ 24 ਜੁਲਾਈ, 2026 ਤੱਕ ਚੱਲੇਗਾ। ਉਨ੍ਹਾਂ ਸਮੂਹ ਯੋਗ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਗਿਣਤੀ ਫਾਰਮ ਸਮੇਂ ਸਿਰ ਭਰ ਕੇ ਜਮ੍ਹਾਂ ਕਰਵਾਉਣ ਅਤੇ ਇਸ ਮਹੱਤਵਪੂਰਨ ਪ੍ਰਕਿਰਿਆ ਵਿੱਚ ਆਪਣਾ ਯੋਗਦਾਨ ਪਾਉਣ।

ਉਨ੍ਹਾਂ ਦੱਸਿਆ ਕਿ ਵੋਟਰ ਕਿਸੇ ਵੀ ਸਹਾਇਤਾ ਜਾਂ ਜਾਣਕਾਰੀ ਲਈ ਈ.ਸੀ.ਆਈ.ਨੈੱਟ (ECINet) ਪੋਰਟਲ ਰਾਹੀਂ ਆਪਣੇ ਬੀ.ਐਲ.ਓ. ਨਾਲ ਕਾਲ ਬੁੱਕ ਕਰ ਸਕਦੇ ਹਨ ਜਾਂ ਵੋਟਰ ਹੈਲਪਲਾਈਨ 1950 ‘ਤੇ ਸੰਪਰਕ ਕਰ ਸਕਦੇ ਹਨ।

ਉਨ੍ਹਾਂ ਨੇ ਜ਼ਿਲ੍ਹੇ ਵਿੱਚ ਐਨੁਮੇਰੇਸ਼ਨ ਫਾਰਮਾਂ ਦੀ ਵੰਡ ਦੀ ਪ੍ਰਗਤੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਧਾਨ ਸਭਾ ਹਲਕਾ ਖਰੜ ਦੇ 18, ਐੱਸ.ਏ.ਐੱਸ. ਨਗਰ ਦੇ 7 ਅਤੇ ਡੇਰਾਬੱਸੀ ਦੇ 13 ਪੋਲਿੰਗ ਸਟੇਸ਼ਨਾਂ ‘ਤੇ 91 ਤੋਂ 99 ਫ਼ੀਸਦੀ ਵੰਡ ਪੂਰੀ ਹੋ ਚੁੱਕੀ ਹੈ।

ਇਸੇ ਤਰ੍ਹਾਂ ਖਰੜ ਦੇ 8, ਐੱਸ.ਏ.ਐੱਸ. ਨਗਰ ਦੇ 6 ਅਤੇ ਡੇਰਾਬੱਸੀ ਦੇ 10 ਪੋਲਿੰਗ ਸਟੇਸ਼ਨਾਂ ‘ਤੇ 80 ਤੋਂ 90 ਫ਼ੀਸਦੀ ਵੰਡ ਹੋ ਚੁੱਕੀ ਹੈ। ਜਦਕਿ ਖਰੜ ਦੇ 10, ਐੱਸ.ਏ.ਐੱਸ. ਨਗਰ ਦੇ 2 ਅਤੇ ਡੇਰਾਬੱਸੀ ਦੇ 9 ਪੋਲਿੰਗ ਸਟੇਸ਼ਨਾਂ ‘ਤੇ 100 ਫ਼ੀਸਦੀ ਐਨੁਮੇਰੇਸ਼ਨ ਫਾਰਮਾਂ ਦੀ ਵੰਡ ਮੁਕੰਮਲ ਕੀਤੀ ਜਾ ਚੁੱਕੀ ਹੈ।

ਸ੍ਰੀਮਤੀ ਕੋਮਲ ਮਿੱਤਲ ਨੇ ਭਰੋਸਾ ਜਤਾਇਆ ਕਿ ਬੂਥ ਲੈਵਲ ਅਫ਼ਸਰਾਂ, ਰਾਜਨੀਤਿਕ ਪਾਰਟੀਆਂ ਵੱਲੋਂ ਤਾਇਨਾਤ ਬੂਥ ਲੈਵਲ ਏਜੰਟਾਂ ਅਤੇ ਵੋਟਰਾਂ ਦੇ ਸਹਿਯੋਗ ਨਾਲ ਜ਼ਿਲ੍ਹੇ ਵਿੱਚ ਵਿਸ਼ੇਸ਼ ਇੰਟੈਂਸਿਵ ਰੀਵਿਜ਼ਨ (ਐੱਸ.ਆਈ.ਆਰ.-2026) ਦੀ ਪ੍ਰਕਿਰਿਆ ਨਿਰਧਾਰਿਤ ਸਮਾਂ-ਸੀਮਾ ਅੰਦਰ ਸਫ਼ਲਤਾਪੂਰਵਕ ਸੰਪੂਰਨ ਕੀਤੀ ਜਾਵੇਗੀ।

ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਅਤੇ ਲੋੜਵੰਦ ਨਾਗਰਿਕਾਂ ਦੀ ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ 1,583 ਕਰੋੜ ਰੁਪਏ ਜਾਰੀ

ਚੰਡੀਗੜ੍ਹ, 29 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਭਰ ਦੇ ਹਜ਼ਾਰਾਂ ਬਜ਼ੁਰਗ ਨਾਗਰਿਕਾਂ ਅਤੇ ਲੋੜਵੰਦ ਪਰਿਵਾਰਾਂ ਲਈ ਸਮੇਂ ਸਿਰ ਮਿਲਣ ਵਾਲੀ ਸਮਾਜਿਕ ਸੁਰੱਖਿਆ ਸਹਾਇਤਾ ਸਿਰਫ਼ ਇੱਕ ਵਿੱਤੀ ਮਦਦ ਹੀ ਨਹੀਂ, ਸਗੋਂ ਉਨ੍ਹਾਂ ਦੇ ਮਾਣ-ਸਤਿਕਾਰ ਅਤੇ ਸੁਰੱਖਿਆ ਦਾ ਇੱਕ ਵੱਡਾ ਜ਼ਰੀਆ ਹੈ। ਇਸ ਵਚਨਬੱਧਤਾ ਤਹਿਤ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿੱਤੀ ਸਾਲ 2026-27 ਦੌਰਾਨ ਹੁਣ ਤੱਕ 1583 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ।

ਸਰਕਾਰ ਦੇ ਇਸ ਕਦਮ ਨਾਲ ਲੱਖਾਂ ਬਜ਼ੁਰਗਾਂ, ਵਿਧਵਾਵਾਂ, ਨਿਆਸਰਿਤ ਔਰਤਾਂ, ਅਨਾਥ ਬੱਚਿਆਂ ਅਤੇ ਦਿਵਿਆਂਗ ਵਿਅਕਤੀਆਂ ਨੂੰ ਵਿੱਤੀ ਸਹਾਇਤਾ ਵਜੋਂ ਸਿੱਧਾ ਲਾਭ ਮਿਲਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਇਹ ਯਕੀਨੀ ਬਣਾ ਕੇ ਸਮਾਜਿਕ ਸੁਰੱਖਿਆ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਹੈ ਕਿ ਸਭ ਤੋਂ ਵੱਧ ਲੋੜਵੰਦ ਲੋਕਾਂ ਤੱਕ ਸਮੇਂ ਸਿਰ ਅਤੇ ਪੂਰੇ ਮਾਣ-ਸਤਿਕਾਰ ਨਾਲ ਮਦਦ ਪਹੁੰਚੇ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ, “ਸਾਡੀ ਸਰਕਾਰ ਲਈ ਸਮਾਜਿਕ ਸੁਰੱਖਿਆ ਸਿਰਫ਼ ਇੱਕ ਬਜਟ ਦੀ ਵਿਵਸਥਾ ਨਹੀਂ, ਬਲਕਿ ਲੋੜਵੰਦ ਵਰਗਾਂ ਪ੍ਰਤੀ ਇੱਕ ਪਵਿੱਤਰ ਵਚਨਬੱਧਤਾ ਹੈ।” ਉਨ੍ਹਾਂ ਖੁਲਾਸਾ ਕੀਤਾ ਕਿ ਪੰਜਾਬ ਸਰਕਾਰ ਨੇ ਚਾਲੂ ਮਾਲੀ ਸਾਲ ਦੌਰਾਨ ਸਮਾਜਿਕ ਸੁਰੱਖਿਆ ਅਤੇ ਭਲਾਈ ਸਕੀਮਾਂ ਲਈ 6,131.91 ਕਰੋੜ ਰੁਪਏ ਦਾ ਵੱਡਾ ਬਜਟ ਰੱਖਿਆ ਹੈ। ਇਹ ਇਤਿਹਾਸਕ ਬਜਟ ਵਿਵਸਥਾ ਸੂਬੇ ਦੇ ਲਗਭਗ 36 ਲੱਖ ਲਾਭਪਾਤਰੀਆਂ ਨੂੰ ਨਿਯਮਤ ਵਿੱਤੀ ਸਹਾਇਤਾ ਯਕੀਨੀ ਬਣਾ ਰਹੀ ਹੈ।

ਜਾਰੀ ਕੀਤੇ ਫੰਡਾਂ ਦਾ ਵੇਰਵਾ ਦਿੰਦਿਆਂ ਮੰਤਰੀ ਨੇ ਦੱਸਿਆ ਕਿ ਕੁੱਲ ਰਾਸ਼ੀ ਵਿੱਚੋਂ ਬੁਢਾਪਾ ਪੈਨਸ਼ਨ ਲਈ 1,048 ਕਰੋੜ ਰੁਪਏ ਤੋਂ ਵੱਧ ਦੀ ਰਕਮ ਸਿੱਧੇ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਟ੍ਰਾਂਸਫਰ ਕੀਤੀ ਗਈ ਹੈ। ਇਸੇ ਤਰ੍ਹਾਂ ਵਿਧਵਾਵਾਂ, ਬੇਸਹਾਰਾ ਔਰਤਾਂ, ਅਨਾਥ ਤੇ ਆਸ਼ਰਿਤ ਬੱਚਿਆਂ ਅਤੇ ਦਿਵਿਆਂਗ ਵਿਅਕਤੀਆਂ ਦੇ ਫਾਇਦੇ ਲਈ ਚੱਲ ਰਹੀਆਂ ਹੋਰ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ 535 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਡਾ. ਬਲਜੀਤ ਕੌਰ ਨੇ ਦੁਹਰਾਇਆ ਕਿ ਵਿਭਾਗ ਨੇ ਭਲਾਈ ਸਕੀਮਾਂ ਦੇ ਲਾਭ ਪਹੁੰਚਾਉਣ ਦੀ ਪ੍ਰਣਾਲੀ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਸੁਚਾਰੂ ਬਣਾ ਦਿੱਤਾ ਹੈ ਤਾਂ ਜੋ ਹਰ ਯੋਗ ਲਾਭਪਾਤਰੀ ਤੱਕ ਬਿਨਾਂ ਕਿਸੇ ਦੇਰੀ ਦੇ ਸਹਾਇਤਾ ਪਹੁੰਚ ਸਕੇ। ਇਹ ਕਦਮ ਇੱਕ ਸਮਾਜਿਕ ਤੌਰ ‘ਤੇ ਸੁਰੱਖਿਅਤ ਅਤੇ ਖੁਸ਼ਹਾਲ ਪੰਜਾਬ ਸਿਰਜਣ ਦੇ ਸਰਕਾਰ ਦੇ ਸੰਕਲਪ ਨੂੰ ਹੋਰ ਮਜ਼ਬੂਤ ਕਰਦਾ ਹੈ।

ਆਮ ਆਦਮੀ ਪਾਰਟੀ ਨੇ ਹਲਕਾ ਖਰੜ ਤੇ ਸੁਜਾਨਪੁਰ ਦੇ ਇੰਚਾਰਜ ਲਗਾਏ

ਚੰਡੀਗੜ੍ਹ, 29 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਆਮ ਆਦਮੀ ਪਾਰਟੀ ਵੱਲੋਂ ਹਲਕਾ ਖਰੜ ਤੋਂ ਸੰਗਠਨ ਇੰਚਾਰਜ ਲਗਾਇਆ ਗਿਆ ਹੈ। ਆਮ ਆਦਮੀ ਪਾਰਟੀ ਪੰਜਾਬ, ਹਲਕਾ ਖਰੜ ਤੋਂ ਗੁਰਸ਼ਰਨ ਸਿੰਘ ਤੇ ਹਲਕਾ ਸੁਜਾਨਪੁਰ ਤੋਂ ਡਾ. ਅਨਿਲ ਭਾਰਦਵਾਜ ਨੂੰ ਹਲਕਾ ਸੰਗਠਨ ਇੰਚਾਰਜ ਵਜੋਂ ਨਿਯੁਕਤ ਕੀਤਾ ਗਿਆ ਹੈ।

ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਮਾਰਚ 2022 ਤੋਂ ਮਈ 2026 ਤੱਕ 16,000 ਤੋਂ ਵੱਧ ਸ਼ਿਕਾਇਤਾਂ ਪ੍ਰਾਪਤ ਹੋਈਆਂ


ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਸ਼ਿਕਾਇਤ ਦਰਜ ਕਰਨ ਉਪਰੰਤ 368 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ
ਚੰਡੀਗੜ੍ਹ, 29 ਜੂਨ 2026:
ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਰਾਹੀਂ ਵੱਡੇ ਮੀਲ ਪੱਥਰ ਸਥਾਪਤ ਕੀਤੇ ਹਨ। ਸ਼ਾਸਨ ਪ੍ਰਣਾਲੀ ‘ਚੋਂ ਭ੍ਰਿਸ਼ਟਾਚਾਰ ਦਾ ਮੁਕੰਮਲ ਖਾਤਮਾ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ ਰਹੀ ਹੈ।
ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਨੰਬਰ 9501 200 200 ਦੀ ਸ਼ੁਰੂਆਤ 23 ਮਾਰਚ 2022 ਨੂੰ ਕੀਤੀ ਗਈ ਸੀ, ਇਹ ਪਹਿਲਕਦਮੀ ਨਾਗਰਿਕਾਂ ਨੂੰ ਅੱਗੇ ਆਉਣ ਅਤੇ ਪੰਜਾਬ ਭਰ ਦੇ ਸਰਕਾਰੀ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਨਿਡਰ ਹੋ ਕੇ ਰਿਪੋਰਟ ਕਰਨ ਲਈ ਉਤਸ਼ਾਹਿਤ ਕਰਦੀ ਹੈ।
ਇਸ ਸਬੰਧੀ ਅੱਜ ਇੱਥੇ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ 23-03-2022 ਤੋਂ 31-05-2026 ਤੱਕ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਆਡੀਓ-ਵੀਡੀਓ ਰਿਕਾਰਡਿੰਗਾਂ ਸਮੇਤ ਕੁੱਲ 16,950 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ। ਇਸ ਵਿੱਚੋਂ 10,951 ਸ਼ਿਕਾਇਤਾਂ ਦੂਜੇ ਵਿਭਾਗਾਂ ਨਾਲ ਸਬੰਧਤ ਹੋਣ ਕਰਕੇ ਇਹ ਸ਼ਿਕਾਇਤਾਂ ਯੋਗ ਕਾਰਵਾਈ ਲਈ ਸਬੰਧਤ ਵਿਭਾਗਾਂ ਨੂੰ ਭੇਜ ਦਿੱਤੀਆਂ ਗਈਆਂ ਸਨ।
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ 1445 ਸ਼ਿਕਾਇਤਾਂ ਵਿਜੀਲੈਂਸ ਬਿਊਰੋ ਨਾਲ ਸਬੰਧਤ ਸਨ, ਜੋ ਲੋੜੀਂਦੀ ਕਾਰਵਾਈ ਹਿੱਤ ਸਬੰਧਤ ਜ਼ਿਲ੍ਹਾ ਵਿਜੀਲੈਂਸ ਬਿਊਰੋ ਦੇ ਐਸ.ਐਸ.ਪੀਜ਼ ਨੂੰ ਭੇਜ ਦਿੱਤੀਆਂ ਗਈਆਂ ਸਨ। ਵਿਜੀਲੈਂਸ ਬਿਊਰੋ ਵੱਲੋਂ ਇਹਨਾਂ ਸ਼ਿਕਾਇਤਾਂ ਦੀ ਪੜਤਾਲ ਤੋਂ ਬਾਅਦ, ਹੁਣ ਤੱਕ ਦਰਜ ਕੀਤੀਆਂ ਗਈਆਂ 284 ਐਫ.ਆਈ.ਆਰਜ਼ ਵਿੱਚ 368 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।
ਵਿਜੀਲੈਂਸ ਬਿਊਰੋ ਨੇ ਜਨਤਾ ਨੂੰ ਅਪੀਲ ਕੀਤੀ ਹੈ ਕਿ ਉਹ ਸੂਬੇ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਰਿਸ਼ਵਤਖੋਰੀ ਮੁਕਤ ਬਣਾਉਣ ਲਈ ਇਸ ਪਲੇਟਫਾਰਮ ਦੀ ਵਰਤੋਂ ਕਰਨਾ ਜਾਰੀ ਰੱਖਣ।
ਇਹ ਪਹਿਲਕਦਮੀ ਜਨਤਾ ਲਈ ਰਿਸ਼ਵਤਖੋਰੀ ਦੀਆਂ ਸ਼ਿਕਾਇਤਾਂ ਦਰਜ ਕਰਵਾਉਣ ਵਾਸਤੇ ਇੱਕ ਉਪਭੋਗਤਾ-ਅਨੁਕੂਲ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਅਧਾਰਤ ਵਟਸਐਪ ਪਲੇਟਫਾਰਮ ਹੈ। ਨਾਗਰਿਕ ਇਸ ਪਲੇਟਫਾਰਮ ‘ਤੇ ਰਿਸ਼ਵਤ ਦੇ ਸਬੰਧ ਵਿੱਚ ਢੁਕਵੀਂ ਆਡੀਓ ਅਤੇ ਵੀਡੀਓ ਰਿਕਾਰਡਿੰਗ ਦੇ ਨਾਲ 24 ਘੰਟੇ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ। ਇਸ ਪਲੇਟਫਾਰਮ ‘ਤੇ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦਾ ਤੁਰੰਤ ਸਮੇਂ ਸਿਰ ਨਿਪਟਾਰਾ ਕੀਤਾ ਜਾਂਦਾ ਹੈ, ਜਿਸ ਨਾਲ ਆਮ ਜਨਤਾ ਨੂੰ ਖੱਜਲ-ਖੁਆਰੀ ਤੋਂ ਵੱਡੀ ਰਾਹਤ ਮਿਲੀ ਹੈ।

ਚੰਡੀਗੜ੍ਹ ਨਿਗਮ ਹਾਊਸ ‘ਚ ਜ਼ਬਰਦਸਤ ਹੰਗਾਮਾ, BJP ਪ੍ਰਧਾਨ ਖ਼ਿਲਾਫ਼ ਕਾਂਗਰਸ ਅਤੇ ‘ਆਪ’ ਦਾ ਹੱਲਾਬੋਲ

ਚੰਡੀਗੜ੍ਹ, 29 ਜੂਨ, ਪ੍ਰਾਈਮ ਏਸ਼ੀਆ ਅਤੇ ਨਿਊਜ਼ ਬਿਊਰੋ :

ਚੰਡੀਗੜ੍ਹ ਨਗਰ ਨਿਗਮ ਹਾਊਸ ਦੀ ਅੱਜ ਹੋਈ ਮੀਟਿੰਗ ਵਿੱਚ ਭਾਜਪਾ, ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿੱਚ ਤਿੱਖੀ ਬਹਿਸਬਾਜ਼ੀ ਹੋਈ। ਨਗਰ ਨਿਗਮ ਹਾਊਸ ਦੀ ਮੀਟਿੰਗ ਦੌਰਾਨ ਸਦਨ ਦੇ ਬਾਹਰ ਕਾਂਗਰਸ ਅਤੇ ਸਦਨ ਦੇ ਅੰਦਰ ਕਾਂਗਰਸ ਪਾਰਟੀ ਅਤੇ ਆਮ ਆਦਮੀ ਪਾਰਟੀ ਵਲੋਂ ਤਿੱਖਾ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ । ਸਦਨ ਵਿਚ ਕਾਂਗਰਸ ਪਾਰਟੀ ਅਤੇ ਆਮ ਆਦਮੀ ਪਾਰਟੀ ਦੇ ਕੌਂਸਲਰ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਵਲੋਂ ਵਰਤੀ ਗਈ ਸ਼ਬਦਾਵਲੀ ਦੇ ਵਿਰੌਧ ਵਿਚ ਨਾਅਰੇਬਾਜ਼ੀ ਕਰ ਰਹੇ ਹਨ। ਸਦਨ ਵਿਚ ਮੌਜੂਦ ਕਾਂਗਰਸ ਪਾਰਟੀ ਦੇ ਸਮੂਹ ਕੌਂਸਲਰ ਭਾਰਤੀ ਜਨਤਾ ਪਾਰਟੀ ਦੇ ਚੰਡੀਗੜ੍ਹ ਦੇ ਸੂਬਾ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਸਦਨ ਵਿਚਕਾਰ ਧਰਨੇ ਤੇ ਬੈਠੇ।
ਬੀਤੇ ਦਿਨੀਂ ਚੰਡੀਗੜ੍ਹ ਭਾਜਪਾ ਪ੍ਰਧਾਨ ਜਤਿੰਦਰਪਾਲ ਮਲਹੋਤਰਾ ਵੱਲੋਂ ਪੰਜਾਬੀ ਸਬੰਧੀ ਦਿੱਤੀ ਵਿਵਾਦਤ ਟਿੱਪਣੀ ਨੂੰ ਲੈ ਕੇ ਜ਼ਬਰਦਸਤ ਹੰਗਾਮਾ ਦੇਖਣ ਨੂੰ ਮਿਲਿਆ। ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਕੌਂਸਲਰ ਹੱਥਾਂ ਵਿੱਚ ਤਖ਼ਤੀਆਂ ਲੈ ਕੇ ਸਦਨ ਦੇ ਵਿਚਕਾਰ ਪਹੁੰਚ ਗਏ ਅਤੇ ਭਾਜਪਾ ਪ੍ਰਧਾਨ ਨੂੰ ਗੁਰਦੁਆਰਾ ਸਾਹਿਬ ਵਿੱਚ ਜਾ ਕੇ ਇਸ ਟਿੱਪਣੀ ਲਈ ਮੁਆਫ਼ੀ ਮੰਗਣ ਦੀ ਮੰਗ ਕਰਨ ਲੱਗੇ। ਇਸੇ ਦੌਰਾਨ ਮਾਹੌਲ ਉਸ ਵੇਲੇ ਹੋਰ ਖ਼ਰਾਬ ਹੋ ਗਿਆ ਜਦੋਂ ਇੱਕ ਭਾਜਪਾ ਕੌਂਸਲਰ ਨੇ ਸਦਨ ਦੇ ਅੰਦਰ ਹੀ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਵਿਰੁੱਧ ਇਤਰਾਜ਼ਯੋਗ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਜਿਵੇਂ ਹੀ ਅਨਿਲ ਮਸੀਹ ਨੇ ਬੋਲਣਾ ਸ਼ੁਰੂ ਕੀਤਾ, ਤਾਂ ਪੁਰਾਣੇ ਮੇਅਰ ਚੋਣ ਵਿਵਾਦ ਦੀਆਂ ਯਾਦਾਂ ਤਾਜ਼ਾ ਹੋ ਗਈਆਂ। ਕਾਂਗਰਸ ਅਤੇ ‘ਆਪ’ ਦੇ ਕੌਂਸਲਰਾਂ ਨੇ ਇਕਜੁੱਟ ਹੋ ਕੇ ਅਨਿਲ ਮਸੀਹ ਨੂੰ ‘ਵੋਟ ਚੋਰ’ ਕਹਿਣਾ ਸ਼ੁਰੂ ਕਰ ਦਿੱਤਾ। ਇੰਨਾ ਹੀ ਨਹੀਂ, ਵਿਰੋਧੀ ਕੌਂਸਲਰਾਂ ਨੇ ਹੱਥਾਂ ਦੀਆਂ ਉਂਗਲਾਂ ਦੇ ਇਸ਼ਾਰਿਆਂ ਨਾਲ ‘8 ਵੋਟਾਂ’ ਦੀ ਚੋਰੀ ਦਾ ਹਵਾਲਾ ਦੇ ਕੇ ਮਸੀਹ ਨੂੰ ਜੰਮ ਕੇ ਘੇਰਿਆ।

ਪੰਜਾਬ

ਦੇਸ਼