Breaking News
ਪੰਜਾਬ ਸਰਕਾਰ ਨੇ ਕੱਢੀਆਂ 532 ਸਰਕਾਰੀ ਨੌਕਰੀਆਂ

ਚੰਡੀਗੜ੍ਹ, 6 ਅਪ੍ਰੈਲ :

ਸਰਕਾਰੀ ਨੌਕਰੀਆਂ ਨਿਕਲਣ ਦੀ ਉਡੀਕ ਕਰਦੇ ਨੌਜਵਾਨਾਂ ਲਈ ਇਹ ਚੰਗੀ ਖ਼ਬਰ ਹੈ ਕਿ ਪੰਜਾਬ ਸਰਕਾਰ ਵੱਲੋਂ ਅਸਾਮੀਆਂ ਕੱਢੀਆਂ ਗਈਆਂ ਹਨ। ਪੰਜਾਬ ਸਰਕਾਰ ਵੱਲੋਂ ਗਰੁੱਪ ਸੀ ਦੀਆਂ 532 ਅਸਮੀਆਂ ਲਈ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਰਾਹੀਂ ਵਾਰਡਰ ਅਤੇ ਮੇਟਰਨ ਦੀਆਂ ਅਸਾਮੀਆਂ ਭਰਨ ਵਾਸਤੇ ਅਰਜ਼ੀਆਂ ਮੰਗੀਆਂ ਹਲ। 475 ਵਾਰਡਰ ਅਤੇ 57 ਮੇਟਰਨ ਦੀਆਂ ਅਸਾਮੀਆਂ ਲਈ ਯੋਗ ਉਮੀਦਵਾਰ 21 ਅਪ੍ਰੈਲ 2026 ਤੱਕ ਆਨਲਾਈਨ ਫਾਰਮ ਭਰ ਸਕਦੇ ਹਨ।

ਹੋਰ ਜਾਣਕਾਰੀ ਲਈ ਇਸ ਲਿੰਕ ਉੱਤੇ ਕਲਿੱਕ ਕਰੋ

ਚੰਡੀਗੜ੍ਹ ’ਚ ਸਾਈਬਰ ਠੱਗਾਂ ਨੇ ਮਾਰੀ 1 ਕਰੋੜ ਰੁਪਏ ਤੋਂ ਵੱਧ ਦੀ ਠੱਗੀ

ਚੰਡੀਗੜ੍ਹ, 6 ਅਪ੍ਰੈਲ :

ਸਾਈਬਰ ਠੱਗਾਂ ਵੱਲੋਂ ਆਨਲਾਈਨ ਠੱਗੀ ਮਾਰਨ ਦੀਆਂ ਖਬਰਾਂ ਰੋਜ਼ਾਨਾ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਹੁਣ ਚੰਡੀਗੜ੍ਹ ਵਿੱਚ ਇਕ ਡਾਕਟਰ ਨੂੰ ਨਿਸ਼ਾਨਾ ਬਣਾਇਆ ਗਿਆ ਹੈ, ਜਿਸ ਨਾਲ 1 ਕਰੋੜ ਰੁਪਏ ਤੋਂ ਵੱਧ ਦੀ ਠੱਗੀ ਮਾਰੀ ਗਈ ਹੈ। ਠੱਗਾ ਨੇ ਪੀਜੀਆਈ ਦੇ ਡਾਕਟਰ ਨਾਲ 1.10 ਕਰੋੜ ਰੁਪਏ ਦੀ ਠੱਗੀ ਮਾਰਨ ਦੀ ਖਬਰ ਸਾਹਮਣੇ ਆਈ ਹੈ। ਪੀੜਤ ਡਾਕਟਰ ਵੱਲੋਂ ਥਾਣਾ 17 ਦੇ ਸਾਈਬਰ ਕ੍ਰਾਈਮ ਵਿੱਚ ਸ਼ਿਕਾਇਤ ਦਿੱਤੀ ਗਈ ਹੈ। ਪੀੜਤ ਡਾਕਟਰ ਨੇ ਦੱਸਿਆ ਕਿ 2025 ਚ ਇੰਟਰਨੈੱਟ ਤੋਂ ਸ਼ੇਅਰ ਮਾਰਕੀਟ ਦੀ ਜਾਣਕਾਰੀ ਲਈ ਸੀ। ਇਸ ਤੋਂ ਬਾਅਦ ਉਹ ਜਨਵਰੀ 2026 ਚ ਵੱਖ-ਵੱਖ ਗਰੁੱਪਾਂ ਚ ਜੋੜਿਆ ਗਿਆ। ਡਾਕਟਰ ਨੇ ਦੱਸਿਆ ਕਿ ਉਸ ਮੁਨਾਫ਼ੇ ਦਾ ਲਾਲਚ ਦੇ ਕੇ ਬੈਂਕ ਖਾਤਿਆਂ ‘ਚੋਂ ਪੈਸੇ ਟਰਾਂਸਫਰ ਕਰਵਾਏ। ਡਾਕਟਰ ਨੇ 25 ਟਰਾਂਸਜੈਕਸ਼ਨ ਰਾਹੀਂ 1.10 ਕਰੋੜ ਰੁਪਏ ਨਿਵੇਸ਼ ਕੀਤਾ। ਸ਼ੁਰੂ ਵਿੱਚ ਐਪ ‘ਤੇ ਮੁਨਾਫ਼ਾ ਦਿਖਾਇਆ ਗਿਆ, ਪਰ ਜਦੋਂ ਡਾਕਟਰ ਨੇ ਪੈਸੇ ਕਢਵਾਉਣ ਦੀ ਕੋਸ਼ਿਸ਼ ਕੀਤੀ, ਤਾਂ ਉਨ੍ਹਾਂ ਤੋਂ ਹੋਰ ਰਕਮ ਦੀ ਮੰਗ ਕੀਤੀ ਗਈ। ਬਾਅਦ ਵਿੱਚ ਮੁਲਜ਼ਮਾਂ ਨੇ ਖੁਦ ਨੂੰ ਆਰਬੀਆਈ (RBI) ਅਤੇ ਈਡੀ (ED) ਦੇ ਅਧਿਕਾਰੀ ਦੱਸ ਕੇ ਸੁਰੱਖਿਆ ਦੇ ਨਾਮ ‘ਤੇ 10 ਲੱਖ ਰੁਪਏ ਹੋਰ ਮੰਗੇ। ਜਦੋਂ ਡਾਕਟਰ ਨੂੰ ਸ਼ੱਕ ਹੋਇਆ ਅਤੇ ਉਨ੍ਹਾਂ ਨੇ ਹੋਰ ਮੈਂਬਰਾਂ ਨਾਲ ਸੰਪਰਕ ਕੀਤਾ, ਤਾਂ ਪਤਾ ਲੱਗਾ ਕਿ ਉਹ ਠੱਗੀ ਦਾ ਸ਼ਿਕਾਰ ਹੋ ਚੁੱਕੇ ਹਨ। ਪੁਲਿਸ ਨੇ ਡਾਕਟਰ ਦੀ ਸ਼ਿਕਾਇਤ ਦੇ ਆਧਾਰ ‘ਤੇ ਮਾਮਲਾ ਦਰਜ ਕਰ ਲਿਆ ਹੈ ਅਤੇ ਠੱਗਾਂ ਦੇ ਬੈਂਕ ਖਾਤਿਆਂ ਦੀ ਜਾਂਚ ਕੀਤੀ ਜਾ ਰਹੀ ਹੈ।

ਚੰਡੀਗੜ੍ਹ ਦੇ ਸਕੂਲਾਂ ਤੇ ਹੋਰ ਦਫ਼ਤਰਾਂ ਨੂੰ ਮਿਲੀ ਬੰਬ ਦੀ ਧਮਕੀ

ਚੰਡੀਗੜ੍ਹ, 6 ਅਪ੍ਰੈਲ :

ਚੰਡੀਗੜ੍ਹ ਦੇ ਸਕੂਲਾਂ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਈਮੇਲ ਭੇਜ ਕੇ ਸਕੂਲਾਂ ਨੂੰ ਧਮਕੀ ਦਿੱਤੀ ਗਈ ਹੈ। ਸ਼ਹਿਰ ਦੇ ਸੈਕਟਰ 41, 45, 47 ਦੇ 4-5 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਭੇਜੀ ਗਈ ਈਮੇਲ ਵਿੱਚ ਕਿਹਾ ਗਿਆ ਕਿ 1:11 ਵਜੇ ਬੰਬ ਦਾ ਧਮਕਾ ਹੋਵੇਗਾ। ਮੇਅਰ ਦਫ਼ਤਰ ਵਿਚ 2:11 ਵਜੇ ਧਮਕਾ ਅਤੇ ਸਕੱਤਰੇਤ ਵਿਚ 3:11 ਵਜੇ ਧਮਕਾ ਹੋਵੇਗਾ। ਆਪਣੇ ਬੱਚਿਆਂ ਨੂੰ ਬਚਾਓ। ਸੈਕਟਰ 45 ਦੇ ਸੇਂਟ ਸਟੀਫਨ ਸਕੂਲ ਵਿੱਚ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਲੋਕਾਂ ਵਿਚ ਡਰ ਪਾਇਆ ਜਾਣ ਲੱਗਿਆ। ਇਸ ਦੀ ਖਬਰ ਮਿਲਦਿਆਂ ਹੀ ਪੁਲਿਸ ਦੇ ਸੀਨੀਅਰ ਅਧਿਕਾਰੀ, ਬੰਬ ਨਿਰੋਧਕ ਦਸਤਾ, ਡੌਂਗ ਸਕੂਐਡ ਮੌਤੇ ਉਤੇ ਪਹੁੰਚ ਗਏ। ਸਕੂਲ ਵਿਚ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੇ ਹਨ। ਧਮਕੀ ਮਿਲਣ ਤੋਂ ਬਾਅਦ ਸਕੂਲਾਂ ਨੂੰ ਖਾਲੀ ਕਰਵਾ ਲਿਆ ਗਿਆ।

ਪਰਿਵਾਰ ਦੀ ਸਹਿਮਤੀ ਬਿਨਾਂ ਵਿਆਹ ਕਰਵਾਇਆ ਤਾਂ ਪਿੰਡ ’ਚ ਰਹਿਣ ਦੀ ਨਹੀਂ ਹੋਵੇਗੀ ਆਗਿਆ, ਪੰਚਾਇਤ ਨੇ ਪਾਇਆ ਮਤਾ

ਅੰਮ੍ਰਿਤਸਰ, 6 ਅਪ੍ਰੈਲ :

ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਅਦਲੀਵਾਲ ਦੀ ਪੰਚਾਇਤ ਵੱਲੋਂ ਦੋ ਮਤੇ ਪਾਏ ਗਏ ਹਨ। ਪੰਚਾਇਤ ਵੱਲੋਂ ਇਕ ਮਤਾ ਪਿੰਡ ਦੀ ਕੁੜੀ, ਮੁੰਡਾ ਦਾ ਆਪਸ ਵਿੱਚ ਵਿਆਹ ਕਰਵਾਉਣ ਅਤੇ ਨਸ਼ਿਆਂ ਖਿਲਾਫ ਮਤਾ ਪਾਇਆ ਗਿਆ ਹੈ। ਪਿੰਡ ਅਦਲੀਵਾਲ ਦੀ ਪੰਚਾਇਤ ਵੱਲੋਂ ਪਾਏ ਮਤੇ ਵਿੱਚ ਕਿਹਾ ਗਿਆ ਕਿ ਪਿੰਡ ਦੇ ਮੁੰਡਾ ਕੁੜੀ ਦੇ ਆਪਸ ਵਿੱਚ ਵਿਆਹ ਕਰਵਾਉਣਗੇ ਤਾਂ ਉਨ੍ਹਾਂ ਦਾ ਪਿੰਡ ਵਿਚੋਂ ਬਾਈਕਾਟ ਹੋਵੇਗਾ, ਜੇਕਰ ਮਾਂ ਬਾਪ ਉਨ੍ਹਾਂ ਨਾਲ ਸਹਿਮਤ ਹੋਣਗੇ ਤਾਂ ਪਿੰਡ ’ਚ ਕਿਸੇ ਵੀ ਬੰਦੇ ਵੱਲੋਂ ਉਨ੍ਹਾਂ ਨਾਲ ਮੇਲ ਮਿਲਾਪ ਨਹੀਂ ਰੱਖਿਆ ਜਾਵੇਗਾ ਅਤੇ ਨਾ ਹੀ ਦੁੱਖ ਸੁੱਖ ’ਚ ਉਨ੍ਹਾਂ ਦਾ ਸਾਥ ਦਿੱਤਾ ਜਾਵੇਗਾ। ਮਤੇ ਵਿੱਚ ਇਹ ਵੀ ਕਿਹਾ ਗਿਆ ਕਿ ਮੁੰਡੇ ਕੁੜੀ ਦੇ ਬਾਹਰ ਭੱਜ ਕੇ ਵਿਆਹ ਕਰਵਾਉਣ ਤੇ ਪੂਰੇ ਪਰਿਵਾਰ ਦਾ ਬਾਈਕਾਟ ਹੋਵੇਗਾ।

ਪੰਚਾਇਤ ਵੱਲੋਂ ਨਸ਼ਿਆਂ ਖਿਲਾਫ ਵੀ ਮਤਾ ਪਾਇਆ ਗਿਆ ਹੈ। ਮਤੇ ਵਿੱਚ ਕਿਹਾ ਗਿਆ ਹੈ ਕਿ ਜੇਕਰ ਕੋਈ ਨਸ਼ਾ ਵੇਚਦਾ ਫੜ੍ਹਿਆ ਗਿਆ ਤਾਂ ਪਿੰਡ ਦਾ ਕੋਈ ਮੋਹਤਵਰ ਉਸ ਬੰਦੇ ਮਗਰ ਨਹੀਂ ਜਾਵੇਗਾ ਅਤੇ ਨਾ ਹੀ ਜ਼ਮਾਨਤ ਦੇਵੇਗਾ, ਜੇਕਰ ਕੋਈ ਜਾਵੇਗਾ ਤਾਂ ਉਸ ਨੂੰ ਪੰਚਾਇਤ ਅਤੇ ਆਮ ਇਜਲਾਸ ਕਰਕੇ ਜਦਾਬਦੇਹੀ ਹੋਵੇਗੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੈਤੋ ਨੂੰ 28.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ


ਫਰੀਦਕੋਟ, 6 ਅਪ੍ਰੈਲ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਵਿੱਚ ਆਪਣੀ ਸਰਕਾਰ ਦੇ ਵਿਕਾਸ ਕਾਰਜਾਂ ਨੂੰ ਜਾਰੀ ਰੱਖਦਿਆਂ ਫਰੀਦਕੋਟ ਦੇ ਜੈਤੋ ਵਿੱਚ 28.68 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਜਿਸ ਵਿੱਚ ਕਮਿਊਨਿਟੀ ਹੈਲਥ ਸੈਂਟਰ ਨੂੰ 30 ਬਿਸਤਰਿਆਂ ਵਾਲੇ ਹਸਪਤਾਲ ਵਿੱਚ ਅਪਗ੍ਰੇਡ ਕਰਨਾ ਅਤੇ ਪੀਣ ਵਾਲੇ ਸਾਫ਼ ਪਾਣੀ ਅਤੇ ਖੇਡ ਬੁਨਿਆਦੀ ਢਾਂਚੇ ਵਿੱਚ ਮਹੱਤਵਪੂਰਨ ਨਿਵੇਸ਼ ਸ਼ਾਮਲ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ’ਝਾੜੂ’ (ਆਪ ਦਾ ਚੋਣ ਨਿਸ਼ਾਨ) ਲਈ 2022 ‘ਚ ਲੋਕਾਂ ਦੇ ਫਤਵੇ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨਾ ਦਾ ਮੁੱਢ ਬੰਨ੍ਹਿਆ ਸੀ, ਜੋ ਅੱਜ ਪੂਰੇ ਹੋ ਰਹੇ ਹਨ। ਮੁੱਖ ਮੰਤਰੀ ਨੇ ’ਆਪ’ ਦੇ ਸ਼ਾਸਨ ਮਾਡਲ ਦੀ ਤੁਲਨਾ ਵਿਰੋਧੀ ਪਾਰਟੀਆਂ ਨਾਲ ਕਰਦਿਆਂ ਕਿਹਾ ਕਿ ਜਿੱਥੇ ’ਆਪ’ ਪਾਰਟੀ ਸਾਫ਼ ਪਾਣੀ, ਸਿਹਤ ਸੰਭਾਲ, ਸਿੱਖਿਆ, 10 ਲੱਖ ਰੁਪਏ ਦਾ ਸਿਹਤ ਬੀਮਾ ਅਤੇ ਔਰਤਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰ ਰਹੀ ਹੈ, ਉਥੇ ਹੀ ਰਵਾਇਤੀ ਪਾਰਟੀਆਂ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਵਿੱਚ ਹਮੇਸ਼ਾ ਨਾਕਾਮ ਰਹੀਆਂ ਹਨ।

ਉਨ੍ਹਾਂ ਨੇ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ’ਤੇ ਆਪਣੇ ਸ਼ਬਦੀ ਹਮਲੇ ਹੋਰ ਤਿੱਖੇ ਕਰਦਿਆਂ ਪਹਿਲਾਂ ਸੱਤਾ ਵਿੱਚ ਰਹੀਆਂ ਇਨ੍ਹਾਂ ਪਾਰਟੀਆਂ ਦੇ ਰਿਕਾਰਡ ’ਤੇ ਸਵਾਲ ਉਠਾਏ ਅਤੇ ਉਨ੍ਹਾਂ ’ਤੇ ਰਾਜਨੀਤੀ ਵਿੱਚ ਭਾਈ-ਭਤੀਜਾਵਾਦ ਅਤੇ ਅਪਰਾਧਿਕ ਤੱਤਾਂ ਨੂੰ ਉਤਸ਼ਾਹਿਤ ਕਰਨ ਦਾ ਦੋਸ਼ ਲਾਇਆ। ਇਸ ਦੇ ਨਾਲ ਹੀ ਉਨ੍ਹਾਂ ਨੇ ਗਰੀਬੀ ਅਤੇ ਦਿਨੋਂ-ਦਿਨ ਵਧ ਰਹੀਆਂ ਮੁਸ਼ਕਲਾਂ ਲਈ ਕੇਂਦਰ ’ਤੇ ਵੀ ਨਿਸ਼ਾਨਾ ਸਾਧਿਆ।

13 ਅਪ੍ਰੈਲ ਨੂੰ ਵਿਸਾਖੀ ਵਾਲੇ ਦਿਨ ਹੋਰ ਰਹੇ ਵਿਸ਼ੇਸ਼ ਇਜਲਾਸ ਵਿੱਚ ਇੱਕ ਸਾਲ ਤੱਕ ਕੋਈ ਜ਼ਮਾਨਤ ਨਾ ਹੋਣ ਅਤੇ ਉਮਰ ਕੈਦ ਦੀ ਵਿਵਸਥਾ ਵਾਲਾ ਸਖ਼ਤ ਬੇਅਦਬੀ ਵਿਰੋਧੀ ਕਾਨੂੰਨ ਬਣਾਉਣ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 2027 ਦੀਆਂ ਚੋਣਾਂ ਨੂੰ ਆਪਣੀ ਸਰਕਾਰ ਦੇ ਹੱਕ ਵਿੱਚ ਸਪੱਸ਼ਟ ਮਾਹੌਲ ਐਲਾਨਦਿਆਂ ਕਿਹਾ ਕਿ ਜਿੱਥੇ ਕਾਂਗਰਸ ਦਾ ਨਾਤਾ ਸ਼ੁਰੂ ਤੋਂ ਹੀ ਸਿੱਖ ਵਿਰੋਧੀ ਦੰਗਿਆਂ ਨਾਲ ਜੁੜਿਆ ਰਿਹਾ ਹੈ, ਉਥੇ ਹੀ ਅਕਾਲੀ ਦਲ ਆਪਣੇ ਕਾਲੇ ਕੁਕਰਮਾਂ ਕਰਕੇ ਪੂਰੀ ਤਰ੍ਹਾਂ ਬਦਨਾਮ ਹੋ ਚੁੱਕਾ ਹੈ ਅਤੇ ਇਹ ਸਿਰਫ਼ ਉਨ੍ਹਾਂ ਦੀ ’ਆਪ’ ਪਾਰਟੀ ਹੈ, ਜੋ  ਬਿਹਤਰ ਸ਼ਾਸਨ-ਅਧਾਰਤ “ ਇੱਕੋ ਇੱਕ ਬਦਲ ਹੈ ਅਤੇ “ਰੰਗਲਾ ਪੰਜਾਬ” ਬਣਾਉਣ ਲਈ ਦ੍ਰਿੜ੍ਹ ਵਚਨਬੱਧ ਹੈ।

ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੈਤੋ ਦੀ ਧਰਤੀ ਨੇ ਹਮੇਸ਼ਾ ਇਤਿਹਾਸ ਲਿਖਿਆ ਹੈ, ਜਿਸਨੂੰ ਉਨ੍ਹਾਂ ਦੀ ਪਾਰਟੀ ਸਲਾਮ ਕਰਦੀ ਹੈ। ਉਨ੍ਹਾਂ ਕਿਹਾ ਕਿ ਸਾਹਿਤ ਹੋਵੇ ਜਾਂ ਸੰਘਰਸ਼, ਜਦੋਂ ਵੀ ਕਿਸੇ ਵੀ ਖੇਤਰ ਵਿੱਚ ਲੋੜ ਪਈ, ਜੈਤੋ ਹਮੇਸ਼ਾ ਅੱਗੇ ਵਧਿਆ ਅਤੇ ਸਭ ਤੋਂ ਅੱਗੇ ਹੋ ਖੜ੍ਹਾ ਹੋਇਆ ਹੈ।

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀਆਂ ਨੂੰ ਪਾਈ ਗਈ ਹਰ ਵੋਟ ਗੁਰੂ ਅਤੇ ਗੁਰਬਾਣੀ ਦੀ ਬੇਅਦਬੀ ਦੇ ਹੱਕ ਵਿੱਚ ਫਤਵਾ ਹੋਵੇਗੀ। ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਕੇ ਹਰੇਕ ਵਿਅਕਤੀ ਦੇ ਮਨ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਮਹਾਨ ਗੁਰੂ ਸਾਹਿਬਾਨ ਦੀ ਬਾਣੀ ਦਾ ਨਿਰਾਦਰ ਕੀਤਾ ਅਤੇ ਬਹਿਬਲ ਕਲਾਂ ਅਤੇ ਬਰਗਾੜੀ ਵਿੱਚ ਨਿਰਦੋਸ਼ਾਂ ਉੱਤੇ ਗੋਲੀ ਚਲਾਉਣ ਦਾ ਹੁਕਮ ਦਿੱਤਾ ਸੀ। ਅਕਾਲੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਘੋਰ ਨਿਰਾਦਰ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰਾਂ ਦੀ ਚੋਣ ਵੀ ਅਕਾਲੀਆਂ ਦੀ ਮਨਮਾਨੀ ਨਾਲ ਹੁੰਦੀ ਹੈ, ਜੋ ਪੰਜਾਬ ਦੇ ਲੋਕਾਂ ਨਾਲ ਘੋਰ ਬੇਇਨਸਾਫ਼ੀ ਹੈ।

ਵਿਕਾਸ ਦੇ ਦਾਅਵਿਆਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਸਾਬਕਾ ਉਪ ਮੁੱਖ ਮੰਤਰੀ ਦਾਅਵਾ ਕਰਦੇ ਹਨ ਕਿ ਉਨ੍ਹਾਂ ਦੇ ਸ਼ਾਸਨਕਾਲ ਦੌਰਾਨ ਸੂਬੇ ਦਾ ਵੱਡੇ ਪੱਧਰ ‘ਤੇ ਵਿਕਾਸ ਹੋਇਆ ਹੈ ਪਰ ਕੋਟਕਪੂਰਾ, ਬਹਿਬਲ ਕਲਾਂ ਅਤੇ ਹੋਰ ਥਾਵਾਂ ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਈ ਅਤੇ ਨਿਰਦੋਸ਼ ਮਾਰੇ ਗਏ, ਦੀ ਗੱਲ ‘ਤੇ ਉਹ ਅੱਖਾਂ ਮੀਟ ਲੈਂਦੇ ਹਨ ।

ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ’ਤੇ ਵਿਅੰਗ ਕੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀ ਦਲ ਦੀ ਇਸ ਚਾਲ ਦਾ ਅਸਲ ਨਾਮ ਪਰਿਵਾਰ ਬਚਾਓ ਯਾਤਰਾ ਹੈ। ਉਨ੍ਹਾਂ ਅੱਗੇ ਕਿਹਾ ਕਿ ਮੈਂ ਅਕਾਲੀ ਆਗੂਆਂ ਨੂੰ ਚੁਣੌਤੀ ਦਿੰਦਾ ਹਾਂ ਕਿ ਉਹ ਇਹ ਸਪੱਸ਼ਟ ਕਰਨ ਕਿ 15 ਸਾਲਾਂ ਤੱਕ ਸੂਬੇ ਨੂੰ ਲੁੱਟਣ ਤੋਂ ਬਾਅਦ ਉਹ ਕਿਸ ਤੋਂ ਸੂਬੇ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਸੂਬੇ ਨੂੰ ਬੇਰਹਿਮੀ ਨਾਲ ਲੁੱਟਿਆ ਅਤੇ ਪੰਜਾਬੀਆਂ ਦੀ ਮਾਨਸਿਕਤਾ ਨੂੰ ਭਾਵਨਾਤਮਕ ਤੌਰ ’ਤੇ ਕੁਚਲਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਵੱਖ-ਵੱਖ ਮਾਫੀਆ ਨੂੰ ਸਰਪ੍ਰਸਤੀ ਦਿੱਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਲੀਡਰਸ਼ਿਪ ਨੂੰ ਕਦੇ ਵੀ ਮੁਆਫ਼ ਨਹੀਂ ਕੀਤਾ ਜਾ ਸਕਦਾ ਕਿਉਂਕਿ ਉਹ ਕਈ ਪੀੜ੍ਹੀਆਂ ਦੀ ਨਸਲਕੁਸ਼ੀ ਲਈ ਜ਼ਿੰਮੇਵਾਰ ਹਨ, ਜਿਨ੍ਹਾਂ ਨੇ ਨਸ਼ਿਆਂ ਦੇ ਵਪਾਰ ਨੂੰ ਸਰਪ੍ਰਸਤੀ ਦਿੱਤੀ ਅਤੇ ਉਨ੍ਹਾਂ ਦੇ ਲੰਬੇ ਸਮੇਂ ਦੇ ਕੁਸ਼ਾਸਨ ਦੌਰਾਨ ਨਸ਼ਾ ਵੱਡੇ ਪੱਧਰ ‘ਤੇ ਵਧਿਆ-ਫੁੱਲਿਆ।

ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਆਗੂਆਂ ਦੇ ਹੱਥ ਲੱਖਾਂ ਨੌਜਵਾਨਾਂ ਦੇ ਖੂਨ ਨਾਲ ਰੰਗੇ ਹੋਏ ਹਨ, ਜੋ ਇਨ੍ਹਾਂ ਆਗੂਆਂ ਦੇ ਸਰਕਾਰੀ ਵਾਹਨਾਂ ਜ਼ਰੀਏ ਸੂਬੇ ਵਿੱਚ ਸਪਲਾਈ ਕੀਤੇ ਜਾਂਦੇ ਨਸ਼ਿਆਂ ਦਾ ਸ਼ਿਕਾਰ ਹੋਏ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਦੇ ਪਾਪ ਮੁਆਫ਼ ਨਹੀਂ ਕੀਤੇ ਜਾ ਸਕਦੇ ਅਤੇ ਅਕਾਲੀਆਂ ਨੂੰ ਉਨ੍ਹਾਂ ਦੇ ਕੁਕਰਮਾਂ ਦੀ ਲੰਬੀ ਚੌੜੀ ਸੂਚੀ ਲਈ ਲੋਕ ਕਦੇ ਵੀ ਮਾਫ਼ ਨਹੀਂ ਕਰਨਗੇ।

ਇਸ ਦੌਰਾਨ ਵਿਧਾਨਕ ਕਾਰਵਾਈ ਦੀ ਰੂਪ-ਰੇਖਾ ਪੇਸ਼ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪ ਸਰਕਾਰ ਨੇ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ, 2008 ਵਿੱਚ ਸੋਧ ਲਈ 13 ਅਪ੍ਰੈਲ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਪਵਿੱਤਰ ਗ੍ਰੰਥ ਦੀ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਘੱਟੋ-ਘੱਟ 10 ਸਾਲ ਅਤੇ ਉਮਰ ਕੈਦ ਤੱਕ ਦੀ ਸਖ਼ਤ ਸਜ਼ਾ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਕਾਨੂੰਨ ਬਣਾਉਣ ਲਈ ਤਜਰਬੇਕਾਰ ਕਾਨੂੰਨੀ ਮਾਹਿਰਾਂ ਦੀ ਸਹਾਇਤਾ ਲਈ ਹੈ ਅਤੇ ਇਸ ਸਬੰਧੀ ਸੰਤ ਸਮਾਜ ਨਾਲ ਵੀ ਸਲਾਹ-ਮਸ਼ਵਰਾ ਕੀਤਾ ਜਾ ਰਿਹਾ ਹੈ।

ਅਕਾਲੀ ਲੀਡਰਸ਼ਿਪ ’ਤੇ ਵਰ੍ਹਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੌਕਾਪ੍ਰਸਤ ਆਗੂ ਹਨ, ਜੋ ਆਪਣੀ ਸਹੂਲਤ ਅਤੇ ਨਿੱਜੀ ਰਾਜਨੀਤਿਕ ਹਿੱਤਾਂ ਅਨੁਸਾਰ ਗਿਰਗਿਟ ਵਾਂਗ ਰੰਗ ਅਤੇ ਰੁਖ਼ ਬਦਲਦੇ ਰਹਿੰਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਇਹ ਪਰਿਵਾਰ ਅੰਗਰੇਜ਼ਾਂ ਦਾ ਪਿੱਠੂ ਰਿਹਾ ਹੈ ਅਤੇ ਦੇਸ਼ ਭਗਤਾਂ ਵਿਰੁੱਧ ਅੰਗਰੇਜ਼ਾਂ ਦਾ ਸਾਥ ਦੇਣ ਲਈ ਇਸ ਪਰਿਵਾਰ ਨੂੰ ਸਰ ਦੀ ਉਪਾਧੀ ਨਾਲ ਨਿਵਾਜਿਆ ਗਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਇਸ ਪਰਿਵਾਰ ਨੇ 13 ਅਪ੍ਰੈਲ, 1919 ਨੂੰ ਜਲ੍ਹਿਆਂਵਾਲਾ ਬਾਗ ਕਤਲੇਆਮ ਦੇ ਦੋਸ਼ੀ ਜਨਰਲ ਡਾਇਰ ਵਾਸਤੇ ਇਸ ਘਿਨਾਉਣੀ ਘਟਨਾ ਤੋਂ ਬਾਅਦ ਰਾਤ ਦੇ ਖਾਣੇ ਦੀ ਮੇਜ਼ਬਾਨੀ ਕੀਤੀ ਸੀ।

ਉਨ੍ਹਾਂ ਕਿਹਾ, “ਇਸ ਕਾਰਵਾਈ ਨੇ ਉਨ੍ਹਾਂ ਦੀ ਦੇਸ਼ ਵਿਰੋਧੀ ਅਤੇ ਪੰਜਾਬ ਵਿਰੋਧੀ ਮਾਨਸਿਕਤਾ ਨੂੰ ਜੱਗ ਜ਼ਾਹਰ ਕੀਤਾ ਹੈ।” ਉਨ੍ਹਾਂ ਅੱਗੇ ਕਿਹਾ, “ਸਿਰਫ ਇਹ ਹੀ ਨਹੀਂ, ਪਰਿਵਾਰ ਨੇ ਜਨਰਲ ਡਾਇਰ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਿਰੋਪਾਓ ਭੇਂਟ ਕਰਨ ਅਤੇ ਮੁਆਫ਼ੀ ਦਿਵਾਉਣ ਵਿੱਚ ਵੀ ਅਹਿਮ ਭੂਮਿਕਾ ਨਿਭਾਈ ਸੀ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਇਹ ਹੋਰ ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਸਿਰੋਪਾਓ ਭੇਂਟ ਕਰਨ ਵਾਲੇ ਜਥੇਦਾਰ ਅਰੂੜ ਸਿੰਘ, ਸਾਬਕਾ ਲੋਕ ਸਭਾ ਮੈਂਬਰ ਸਿਮਰਜੀਤ ਸਿੰਘ ਮਾਨ ਦੇ ਨਾਨਾ ਜੀ ਸਨ।”’’

ਇਤਿਹਾਸ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ, “ਬਾਦਲ ਦੇ ਪੁਰਖਿਆਂ ਦੇ ਦੋਗਲੇ ਕਿਰਦਾਰ ਦਾ ਸੱਚ ਇਤਿਹਾਸ ਦੇ ਪੰਨਿਆਂ ’ਤੇ ਉੱਕਰਿਆ ਹੈ, ਜਿਸ ਨੂੰ ਮਿਟਾਇਆ ਨਹੀਂ ਜਾ ਸਕਦਾ ।” ਉਨ੍ਹਾਂ ਅੱਗੇ ਕਿਹਾ, “ਇਸ ਪਰਿਵਾਰ ਦੇ ਹੱਥ ਦੇਸ਼ ਭਗਤਾਂ ਦੇ ਖੂਨ ਨਾਲ ਰੰਗੇ ਹਨ ਅਤੇ ਰਾਸ਼ਟਰਵਾਦੀਆਂ ਦੀ ਪਿੱਠ ’ਚ ਛੁਰਾ ਮਾਰਨ ਤੋਂ ਲੈ ਕੇ ਕੌਮ ਨਾਲ ਧ੍ਰੋਹ ਕਮਾਉਣ ਤੱਕ ਉਨ੍ਹਾਂ ਦੀ ਭੂਮਿਕਾ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।”

ਕਾਂਗਰਸ ਨੂੰ ਕਰੜੀ ਹੱਥੀਂ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕਾਂਗਰਸ ਵਿੱਚ ਹਰ ਆਗੂ ਸੂਬੇ ਦਾ ਮੁਖੀ ਬਣਨਾ ਚਾਹੁੰਦਾ ਹੈ। ਉਨ੍ਹਾਂ ਕੋਲ ਵਰਕਰਾਂ ਨਾਲੋਂ ਵੱਧ ਮੁੱਖ ਮੰਤਰੀ ਹਨ।” ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਦੇ ਚੋਟੀ ਦੇ ਨੇਤਾ ਨੇ ਹਾਲ ਹੀ ਦੌਰਾਨ ਹੋਈ ਇੱਕ ਰੈਲੀ ਵਿੱਚ ਉਨ੍ਹਾਂ ਨੂੰ ਜਨਤਕ ਤੌਰ ’ਤੇ ਝਿੜਕਿਆ ਹੈ। ਉਨ੍ਹਾਂ ਤੰਜ ਕੱਸਦਿਆਂ ਕਿਹਾ, “ਕਾਂਗਰਸ ਇੱਕ ਦੁਫਾੜ ਹੋਈ ਪਾਰਟੀ ਹੈ, ਜੋ ਅੰਦਰੂਨੀ ਖਿੱਚੋਤਾਣ ਕਾਰਨ ਢਹਿ-ਢੇਰੀ ਹੋਣ ਦੇ ਕੰਢੇ ਹੈ ।” ਉਨ੍ਹਾਂ ਕਿਹਾ, ‘‘ਇਹ ਬੜੀ ਮੰਦਭਾਗੀ ਗੱਲ ਹੈ ਕਿ ਉਨ੍ਹਾਂ ਨੂੰ ਇਕਜੁੱਟ ਕਰਨ ਲਈ ਭੇਜੇ ਗਏ ਆਗੂਆਂ ਨੂੰ ਉਨ੍ਹਾਂ ਦੇ ਨਾਮ ਤੱਕ ਨਹੀਂ ਉਚਾਰਣੇ ਆਉਂਦੇ।’’”

2027 ਦੀ ਚੋਣ ਦੀ ਰੂਪ-ਰੇਖਾ ਬਾਰੇ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਲੋਕਾਂ ਕੋਲ ਚੁਣਨ ਲਈ ਤਿੰਨ ਕਲਮਾਂ ਹੋਣਗੀਆਂ।” ਉਨ੍ਹਾਂ ਕਿਹਾ, “ਪਹਿਲੀ ਕਲਮ ਕਾਂਗਰਸ ਦੀ ਹੈ, ਜਿਸ ਦੀ ਸਿਆਹੀ ਸ੍ਰੀ ਹਰਿਮੰਦਰ ਸਾਹਿਬ ’ਤੇ ਹਮਲੇ, 1984 ਦੇ ਦੰਗਿਆਂ ਅਤੇ ਹੋਰ ਸਿੱਖ ਵਿਰੋਧੀ ਸਟੈਂਡਾਂ ਦੀ ਪ੍ਰਤੀਕ ਹੈ। ਇਸੇ ਤਰ੍ਹਾਂ ਦੂਜੀ ਕਲਮ ਅਕਾਲੀਆਂ ਦੀ ਹੈ ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਸਿਆਹੀ ਹੈ।” ਉਨ੍ਹਾਂ ਜ਼ੋਰ ਦਿੰਦਿਆਂ ਕਿਹਾ, “ਤੀਜੀ ਕਲਮ ਆਪ ਦੀ ਹੈ, ਜੋ ਕਿ ਲੋਕ-ਪੱਖੀ ਤੇ ਵਿਕਾਸਸ਼ੀਲ ਪਹਿਲਕਦਮੀਆਂ ਰਾਹੀਂ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾ ਕੇ ਇਸ ਦੀ ਸ਼ਾਨ-ਬਹਾਲੀ ਕਰ ਰਹੀ ਹੈ।”

ਸੁਚੱਜੇ ਸ਼ਾਸਨ ਪ੍ਰਬੰਧਾਂ ਬਾਰੇ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬਾ ਸਰਕਾਰ ਨੇ ਕਈ ਲੋਕ-ਪੱਖੀ ਪਹਿਲਕਦਮੀਆਂ ਕੀਤੀਆਂ ਹਨ, ਜਿਸ ਨਾਲ ਸੂਬੇ ਦੀ ਬਦਲੀ ਨੁਹਾਰ ਦੀ ਤਸਵੀਰ ਸਪੱਸ਼ਟ ਦਿਖ ਰਹੀ ਹੈ।” ਉਨ੍ਹਾਂ ਅੱਗੇ ਕਿਹਾ, “ਲੋਕਾਂ ਦੇ ਟੈਕਸ ਦਾ ਪੈਸਾ ਬੜੀ ਸਮਝਦਾਰੀ ਨਾਲ ਲੋਕਾਂ ਦੀ ਭਲਾਈ ’ਤੇ ਖਰਚ ਕੀਤਾ ਜਾ ਰਿਹਾ ਹੈ। ਇਹ ਪੈਸਾ ਵਿਕਾਸ, ਸਕੂਲਾਂ, ਹਸਪਤਾਲਾਂ ਅਤੇ ਸੜਕਾਂ ਦੀ ਅਪਗ੍ਰੇਡੇਸ਼ਨ ਰਾਹੀਂ ਮੁੜ ਸੂਬੇ ’ਤੇ ਹੀ ਲਗਾਇਆ ਜਾ ਰਿਹਾ ਹੈ।

ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਮੁਹੱਈਆ ਕਰਵਾਈ ਹੈ, ਬਿਨਾਂ ਕਿਸੇ ਭ੍ਰਿਸ਼ਟਾਚਾਰ ਤੋਂ 65000 ਤੋਂ ਵੱਧ ਨੌਕਰੀਆਂ ਦਿੱਤੀਆਂ , ਸੜਕਾਂ ਵਿੱਚ ਸੁਧਾਰ ਕੀਤਾ ਹੈ, ਟੋਲ ਪਲਾਜ਼ਾ ਬੰਦ ਕੀਤੇ, ਜਿਸ ਨਾਲ ਰੋਜ਼ਾਨਾ 70 ਲੱਖ ਰੁਪਏ ਦੀ ਬਚਤ ਹੋਈ ਹੈ ਅਤੇ ਬੁਨਿਆਦੀ ਢਾਂਚਾ ਮਜ਼ਬੂਤ ਹੋਇਆ ਹੈ।” ਉਨ੍ਹਾਂ ਅੱਗੇ ਕਿਹਾ, “ਨਹਿਰੀ ਪਾਣੀ ਦੀ ਵਰਤੋਂ 22 ਫੀਸਦੀ ਤੋਂ ਵਧ ਕੇ 71 ਫੀਸਦੀ ਹੋ ਗਈ ਹੈ ਅਤੇ ਆਉਣ ਵਾਲੇ ਝੋਨੇ ਦੇ ਸੀਜ਼ਨ ਤੱਕ 90 ਫੀਸਦੀ ਤੱਕ ਪੁੱਜ ਜਾਵੇਗੀ।”

ਸਿੱਖਿਆ ’ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੁਫ਼ਤ ਸਹੂਲਤਾਂ ਗ਼ਰੀਬੀ ਨੂੰ ਖਤਮ ਨਹੀਂ ਕਰ ਸਕਦੀਆਂ।  ਸਿੱਖਿਆ ਇਕਲੌਤਾ ਸਾਧਨ ਹੈ ਜਿਸ ਰਾਹੀਂ ਲੋਕਾਂ ਨੂੰ ਉੱਚਾ ਚੁੱਕਿਆ ਸਕਦਾ ਹੈ।” ਉਨ੍ਹਾਂ ਅੱਗੇ ਕਿਹਾ, “ਵਿੱਦਿਆ ਉਹ ਚਾਨਣ ਹੈ ਜੋ ਹਨੇਰੇ ਦੂਰ ਕਰਦਾ ਹੈ, ਇਸ ਲਈ ਅਸੀਂ ਸਿੱਖਿਆ ਨੂੰ ਵਡੇਰੀ ਤਰਜੀਹ ਦੇ ਰਹੇ ਹਾਂ।”

ਸਿਹਤ ਸੰਭਾਲ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 65 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਜਾਰੀ ਕੀਤੇ ਜਾ ਰਹੇ ਹਨ।” ਉਨ੍ਹਾਂ ਅੱਗੇ ਕਿਹਾ,“ਹਰੇਕ ਪਰਿਵਾਰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦਾ ਹੱਕਦਾਰ ਹੈ, ਜਿਸ ਵਿੱਚ 30 ਲੱਖ ਤੋਂ ਵੱਧ ਕਾਰਡ ਜਾਰੀ ਕੀਤੇ ਗਏ ਹਨ ਅਤੇ ਹੁਣ ਤੱਕ 1.65 ਲੱਖ ਇਲਾਜ ਮੁਹੱਈਆ ਕਰਵਾਏ ਗਏ ਹਨ।” ਉਨ੍ਹਾਂ ਲੋਕਾਂ ਅਜਿਹੀ ਲਾਭਕਾਰੀ ਸਕੀਮਾਂ ਤੋਂ ਪੂਰਾ ਲਾਭ ਉਠਾਉਣ ਦੀ ਅਪੀਲ ਵੀ ਕੀਤੀ।

ਬਿਜਲੀ ਸਪਲਾਈ ਬਾਰੇ ਉਨ੍ਹਾਂ ਕਿਹਾ, “ਪਹਿਲੀ ਵਾਰ ਝੋਨੇ ਦੇ ਸੀਜ਼ਨ ਦੌਰਾਨ ਖੇਤਾਂ ਦੇ ਟਿਊਬਵੈੱਲਾਂ ਨੂੰ ਅੱਠ ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਗਈ ਹੈ।” ਉਨ੍ਹਾਂ ਅੱਗੇ ਕਿਹਾ, “ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਮਿਲ ਰਹੀ ਹੈ, ਜਿਸ ਨਾਲ ਉਨ੍ਹਾਂ ਦੀ ਜ਼ਿੰਦਗੀ ਵਿੱਚ ਬਦਲਾਅ ਸਾਫ਼ ਦੇਖਿਆ ਜਾ ਰਿਹਾ  ਹੈ।” ਉਨ੍ਹਾਂ ਦੁਹਰਾਇਆ, “ਸਰਕਾਰੀ ਖ਼ਜ਼ਾਨੇ ਦਾ ਇੱਕ-ਇੱਕ ਪੈਸਾ ਲੋਕ ਭਲਾਈ ਲਈ ਵਰਤਿਆ ਜਾ ਰਿਹਾ ਹੈ।’’”

ਸਮਾਜ ਭਲਾਈ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਔਰਤਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਅਤੇ 18 ਸਾਲ ਤੋਂ ਵੱਧ ਉਮਰ ਦੀਆਂ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1500 ਰੁਪਏ ਦਿੱਤੇ ਜਾ ਰਹੇ ਹਨ।”

ਇਕੱਠ ਨੂੰ ਗੱਲਬਾਤ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਕੋਈ ਸਿਆਸੀ ਰੈਲੀ ਨਹੀਂ, ਸਗੋਂ ਲੋਕਾਂ ਨਾਲ ਜੁੜਨ ਦਾ ਅਸਲ ਮੰਚ ਹੈ।” ਉਨ੍ਹਾਂ ਅੱਗੇ ਕਿਹਾ, “ਪਿਛਲੀਆਂ ਸਰਕਾਰਾਂ ਨੇ ਲੋਕਾਂ ਦਾ ਭਰੋਸਾ ਤੋੜਿਆ ਅਤੇ ਸੂਬੇ ਨੂੰ ਲੁੱਟਿਆ, ਪਰ ਫੇਰ ਲੋਕਾਂ ਨੇ ਬਦਲਾਅ ਲਈ ਵੋਟ ਦਿੱਤੀ, ਜਿਸ ਨਾਲ ਸਕੂਲਾਂ, ਹਸਪਤਾਲਾਂ ਅਤੇ ਹੋਰ ਖੇਤਰਾਂ ਵਿੱਚ ਤਬਦੀਲੀ ਆਈ।”

ਜੈਤੋ ਦੀ ਇਤਿਹਾਸਕ ਧਰਤ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ, “ਇਸ ਪਵਿੱਤਰ ਧਰਤੀ ਨੇ ਹਮੇਸ਼ਾ ਇਤਿਹਾਸ ਲਿਖਿਆ ਹੈ ਅਤੇ ਪੰਜਾਬ ਦੀ ਕਿਸਮਤ ਵਿੱਚ ਜ਼ਰਖੇਜ਼ ਭੋਇੰ ਦਾ ਬਹੁਤ ਵੱਡਾ ਯੋਗਦਾਨ ਪਾਇਆ ਹੈ।” ਉਨ੍ਹਾਂ ਅੱਗੇ ਕਿਹਾ, “ਰਵਾਇਤੀ ਆਗੂ ਚਾਂਦੀ ਦੇ ਚਮਚਿਆਂ ਨਾਲ ਪੈਦਾ ਹੋਏ ਸਨ ਅਤੇ ਉਨ੍ਹਾਂ ਨੇ ਦੇਸ਼ ਲਈ ਨਾ ਕਦੇ ਕੁਝ ਕੀਤਾ ਤੇ ਨਾ ਹੀ  ਦੁੱਖ ਜਰਿਆ।” ਉਨ੍ਹਾਂ ਕਿਹਾ, “ਉਹ ਮੰਨਦੇ ਰਹੇ ਕਿ ਉਨ੍ਹਾਂ ਕੋਲ ਰਾਜ ਕਰਨ ਦਾ ਰੱਬੀ ਅਧਿਕਾਰ ਹੈ, ਪਰ ਲੋਕਤੰਤਰ ਵਿੱਚ ਲੋਕ ਹੀ ਸਰਵਉੱਚ ਹੁੰਦੇ ਹਨ।’’

ਸੁਖਬੀਰ ਸਿੰਘ ਬਾਦਲ ’ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਿੱਖਿਆ ਅਤੇ ਭਲਾਈ ਬਾਰੇ ਚਰਚਾ ਕਰਨ ਦੀ ਬਜਾਏ, ਉਹ ਮੱਝਾਂ ਬਾਰੇ ਗੱਲ ਕਰਦੇ ਹਨ, ਜੋ ਕਿ ਇੱਕ ਸੌੜੀ ਮਾਨਸਿਕਤਾ ਨੂੰ ਦਰਸਾਉਂਦਾ ਹੈ।”ਉਨ੍ਹਾਂ ਅੱਗੇ ਕਿਹਾ, “ਕਈ ਮੌਕੇ ਮਿਲਣ ਦੇ ਬਾਵਜੂਦ, ਉਨ੍ਹਾਂ ਨੇ ਰਾਜ ਨੂੰ ਲੁੱਟਿਆ ਅਤੇ ਇਸੇ ਕਰਕੇ ਲੋਕਾਂ ਨੇ ਉਨ੍ਹਾਂ ਨੂੰ ਨਕਾਰ ਦਿੱਤਾ।  

ਵਿਰੋਧੀ ਧਿਰ ਦੇ ਆਚਰਣ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸਲ ਮੁੱਦੇ ਉਠਾਉਣ ਦੀ ਬਜਾਏ, ਉਹ ਦੂਸ਼ਣਬਾਜ਼ੀ ਜਾਂ ਚਿੱਕੜ ਉਛਾਲਣ ਵਿੱਚ ਮਸਰੂਫ਼ ਹਨ ਅਤੇ ਸੂਬੇ ਦੇ ਵਡਮੁੱਲੇ ਸਰੋਤਾਂ ਨੂੰ ਲੁੱਟਣ ਦੀ ਆਪਣੀ ਵਾਰੀ ਦੀ ਉਡੀਕ ਕਰ ਰਹੇ ਹਨ।” ਉਨ੍ਹਾਂ ਅੱਗੇ ਕਿਹਾ, “ਉਨ੍ਹਾਂ ਦਾ ਇੱਕੋ-ਇੱਕ ਉਦੇਸ਼ ਸੱਤਾ ਤੇ ਕਾਬਿਜ਼ ਹੋਣਾ ਹੈ, ਲੋਕਾਂ ਦੀ ਭਲਾਈ ਨਹੀਂ।”

‘ਆਪ’ ਦੇ ਏਜੰਡੇ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਸਿੱਖਿਆ, ਸਿਹਤ, ਬਿਜਲੀ ਅਤੇ ਖੇਤੀਬਾੜੀ ਬਾਰੇ ਗੱਲ ਕਰਦੇ ਹਾਂ, ਜਦੋਂ ਕਿ ਦੂਸਰੇ ਸੱਤਾ ਹਥਿਆਉਣ ਦੀਆਂ ਘਾੜਤਾਂ ਵਿੱਚ ਰੁੱਝੇ ਹਨ।” ਉਨ੍ਹਾਂ ਅੱਗੇ ਕਿਹਾ, “ਉਨ੍ਹਾਂ ਦਾ ਏਜੰਡਾ ਪਰਿਵਾਰ ਭਲਾਈ ਹੈ, ਸਾਡਾ ਲੋਕਾਂ ਦੀ ਭਲਾਈ।” ਉਨ੍ਹਾਂ ਕਿਹਾ, “ਪਿਛਲੀਆਂ ਸਰਕਾਰਾਂ ਦੇ ਕੁਸ਼ਾਸਨ ਕਾਰਨ, ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਚੁਣਿਆ, ਜੋ ਅਣਥੱਕ ਮਿਹਨਤ ਕਰ ਰਹੀ ਹੈ।’’”

ਲੋਕਾਂ ਨੂੰ ਪਿਛਲੀਆਂ ਸਰਕਾਰਾਂ ਦੀ ਯਾਦ ਦਿਵਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਰਵਾਇਤੀ ਪਾਰਟੀਆਂ ਕਦੇ ਵੀ ਪੰਜਾਬ ਪ੍ਰਤੀ ਵਫ਼ਾਦਾਰ ਨਹੀਂ ਰਹੀਆਂ।” ਉਨ੍ਹਾਂ ਅੱਗੇ ਕਿਹਾ, “ਉਹ ਈਰਖਾ ਕਰਦੇ ਹਨ ਕਿਉਂਕਿ ‘ਆਪ’ ਨੇ ਭਲਾਈ ਦਾ ਏਜੰਡਾ ਤੈਅ ਕੀਤਾ ਹੈ।” ਉਨ੍ਹਾਂ ਅੱਗੇ ਕਿਹਾ, “ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਦੀ ਮੁੱਢਲੀ ਭੂਗੋਲਿਕ ਸਥਿਤੀ ਬਾਰੇ ਵੀ ਕੋਈ ਜਾਣਕਾਰੀ ਨਹੀਂ ਹੈ।’’

ਹੋਰ ਆਗੂਆਂ ’ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦਾ ਪਰਿਵਾਰ ਲਗਾਤਾਰ ਪੰਜਾਬ ਵਿਰੋਧੀ ਤਾਕਤਾਂ ਨਾਲ ਖੜ੍ਹਾ ਰਿਹਾ ਹੈ।’’ ਉਨ੍ਹਾਂ ਅੱਗੇ ਕਿਹਾ, ‘‘ਆਪ ਸਿਸਟਮ ਬਦਲਣ ਲਈ ਬਣਾਈ ਗਈ ਸੀ ਅਤੇ ਇਸ ਦੀ ਅਗਵਾਈ ਹੇਠ ਪੰਜਾਬ, ਸਿੱਖਿਆ ਅਤੇ ਸਿਹਤ ਸਮੇਤ ਹਰ ਖੇਤਰ ਵਿੱਚ ਤੇਜ਼ੀ ਨਾਲ ਤਰੱਕੀ ਕਰ ਰਿਹਾ ਹੈ।’’

ਰਾਸ਼ਟਰੀ ਮੁੱਦਿਆਂ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਦੇਸ਼ ’ਤੇ ਰਾਜ ਕਰਨ ਵਾਲਿਆਂ ਨੂੰ ਲੋਕਾਂ ਦੀ ਭਲਾਈ ਬਾਰੇ ਜਾਣਕਾਰੀ ਨਹੀਂ ਹੈ।’’ ਉਨ੍ਹਾਂ ਅੱਗੇ ਕਿਹਾ, ‘‘ਦੇਸ਼ ਦੀ ਅਗਵਾਈ ਇੱਕ ਅਜਿਹੇ ਭੱਦਰ-ਪੁਰਸ਼ ਕਰ ਰਹੇ ਹਨ, ਜੋ ਜ਼ਿਆਦਾ ਸਮਾਂ ਵਿਦੇਸ਼ਾਂ ਵਿੱਚ ਬਿਤਾਉਂਦੇ ਹਨ ਅਤੇ ਜ਼ਮੀਨੀ ਹਕੀਕਤਾਂ ਤੋਂ ਕੋਹਾਂ ਦੂਰ ਹਨ।’’ ਉਨ੍ਹਾਂ ਕਿਹਾ, ‘‘ਐਲਪੀਜੀ ਅਤੇ ਤੇਲ ਸੰਕਟ ਦਾ ਅੰਦਾਜ਼ਾ ਲਗਾਇਆ ਜਾਣਾ ਚਾਹੀਦਾ ਸੀ।’’

ਇਸ ਤੋਂ ਪਹਿਲਾਂ, ’ਆਪ’ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਕਿਹਾ, ‘‘ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਭਗਵੰਤ ਸਿੰਘ ਮਾਨ ਸਭ ਤੋਂ ਪ੍ਰਸਿੱਧ ਮੁੱਖ ਮੰਤਰੀ ਸਾਬਤ ਹੋਏ ਹਨ।’’ ਉਨ੍ਹਾਂ ਅੱਗੇ ਕਿਹਾ, ‘‘ਉਹ ਲੋਕਾਂ ਦੀ ਭਲਾਈ ਲਈ ਕੰਮ ਕਰਨ ਵਾਲੇ ਇਕਲੌਤੇ ਮੁੱਖ ਮੰਤਰੀ ਹਨ ਅਤੇ ਪਾਰਟੀ ਵੱਡੇ ਫਤਵੇ ਨਾਲ ਸੱਤਾ ਵਿੱਚ ਵਾਪਸ ਆਵੇਗੀ।’’

ਇਸ ਦੌਰਾਨ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਡਾ. ਬਲਬੀਰ ਸਿੰਘ ਅਤੇ ਹੋਰ ਵੀ ਮੌਜੂਦ ਸਨ।

ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 4.13 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 6 ਅਪ੍ਰੈਲ :

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਮੁਲਜ਼ਮਾਂ ਨੂੰ 4.13 ਕਿਲੋ ਹੈਰੋਇਨ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕਪੂਰਥਲਾ, ਫਗਵਾੜਾ ਦੇ ਪਲਾਹੀ ਗੇਟ ਦੇ ਵਸਨੀਕ ਆਤਿਸ਼ ਸੁਮਨ (22) ਅਤੇ ਅੰਮ੍ਰਿਤਸਰ ਦੇ ਪਿੰਡ ਬੋਪਾਰਾਏ ਕਲਾਂ ਦੇ ਵਸਨੀਕ ਸਵਿੰਦਰ ਸਿੰਘ ਉਰਫ਼ ਸੁੰਦਰੀ (28) ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਯੂਰਪ-ਅਧਾਰਤ ਹੈਂਡਲਰਾਂ ਅਤੇ ਜੇਲ੍ਹ ‘ਚ ਬੰਦ ਕਾਰਕੁਨਾਂ ਦੇ ਸਿੱਧੇ ਸੰਪਰਕ ਵਿੱਚ ਸਨ, ਜੋ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਅਤੇ ਫਿਰ ਮਾਝਾ ਤੇ ਦੋਆਬਾ ਖੇਤਰਾਂ ਇਸਦੀ ਸਪਲਾਈ ‘ਚ ਉਕਤ ਮੁਲਜ਼ਮਾਂ ਦੀ ਸਹਾਇਤਾ ਕਰਦੇ ਸਨ। ਉਨ੍ਹਾਂ ਕਿਹਾ ਕਿ ਦੋਵੇਂ ਮੁਲਜ਼ਮ ਖਿਲਾਫ਼ ਐਨਡੀਪੀਐਸ ਅਤੇ ਅਸਲਾ ਐਕਟ ਤਹਿਤ ਪਹਿਲਾਂ ਵੀ ਕਈ ਅਪਰਾਧਕ ਮਾਮਲੇ ਦਰਜ ਹਨ।

ਡੀਜੀਪੀ ਨੇ ਕਿਹਾ ਕਿ ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਇਸ ਮਾਮਲੇ ਵਿੱਚ ਅਗਲੇ ਪਿਛਲੇ ਸਬੰਧਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਭਰੋਸੇਯੋਗ ਜਾਣਕਾਰੀ ‘ਤੇ ਕਾਰਵਾਈ ਕਰਦਿਆਂ  ਪੁਲਿਸ ਟੀਮਾਂ ਨੇ ਮੁਲਜ਼ਮ ਆਤਿਸ਼ ਸੁਮਨ ਨੂੰ 220 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਸੀ, ਜਿਸ ਤੋਂ ਅਗਲੇਰੀ ਪੁੱਛਗਿੱਛ ਵਿੱਚ 670 ਗ੍ਰਾਮ ਹੋਰ ਹੈਰੋਇਨ ਬਰਾਮਦ ਕੀਤੀ ਗਈ, ਜਿਸ ਨਾਲ ਉਸ ਤੋਂ ਹੈਰੋਇਨ ਦੀ ਕੁੱਲ ਬਰਾਮਦਗੀ 890 ਗ੍ਰਾਮ ਹੋ ਗਈ ਹੈ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਆਤਿਸ਼ ਸੁਮਨ ਵੱਲੋਂ ਕੀਤੇ ਗਏ ਖੁਲਾਸੇ ਦੇ ਆਧਾਰ ‘ਤੇ ਪੁਲਿਸ ਟੀਮਾਂ ਨੇ ਉਸਦੇ ਸਾਥੀ ਸਵਿੰਦਰ ਸਿੰਘ ਉਰਫ ਸੁੰਦਰੀ ਨੂੰ ਵੀ ਗ੍ਰਿਫ਼ਤਾਰ ਕਰ ਲਿਆ, ਜਿਸ ਤੋਂ 3.24 ਕਿਲੋ ਹੈਰੋਇਨ ਦੀ ਵੱਡੀ ਬਰਾਮਦਗੀ ਹੋਈ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧੀ ਹੋਰ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧ ਵਿੱਚ ਅੰਮ੍ਰਿਤਸਰ ਦੇ ਪੁਲਿਸ ਥਾਣਾ ਸੁਲਤਾਨਵਿੰਡ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21-ਬੀ, 21-ਸੀ ਅਤੇ 29 ਤਹਿਤ ਐਫਆਈਆਰ ਨੰਬਰ 64 ਮਿਤੀ 27-03-2026 ਦਰਜ ਕੀਤੀ ਗਈ ਹੈ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ : ਅੱਜ ਦਾ ਹੁਕਮਨਾਮਾ

ਮੁੱਖਵਾਕ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ

06-04-2026

ਸਲੋਕ ਮਃ ੩ ॥

ਅਪਣਾ ਆਪੁ ਨ ਪਛਾਣਈ ਹਰਿ ਪ੍ਰਭੁ ਜਾਤਾ ਦੂਰਿ ॥ ਗੁਰ ਕੀ ਸੇਵਾ ਵਿਸਰੀ ਕਿਉ ਮਨੁ ਰਹੈ ਹਜੂਰਿ ॥ ਮਨਮੁਖਿ ਜਨਮੁ ਗਵਾਇਆ ਝੂਠੈ ਲਾਲਚਿ ਕੂਰਿ ॥ ਨਾਨਕ ਬਖਸਿ ਮਿਲਾਇਅਨੁ ਸਚੈ ਸਬਦਿ ਹਦੂਰਿ ॥੧॥ ਮਃ ੩ ॥ ਹਰਿ ਪ੍ਰਭੁ ਸਚਾ ਸੋਹਿਲਾ ਗੁਰਮੁਖਿ ਨਾਮੁ ਗੋਵਿੰਦੁ ॥ ਅਨਦਿਨੁ ਨਾਮੁ ਸਲਾਹਣਾ ਹਰਿ ਜਪਿਆ ਮਨਿ ਆਨੰਦੁ ॥ ਵਡਭਾਗੀ ਹਰਿ ਪਾਇਆ ਪੂਰਨੁ ਪਰਮਾਨੰਦੁ ॥ ਜਨ ਨਾਨਕ ਨਾਮੁ ਸਲਾਹਿਆ ਬਹੁੜਿ ਨ ਮਨਿ ਤਨਿ ਭੰਗੁ ॥੨॥ ਪਉੜੀ ॥ ਕੋਈ ਨਿੰਦਕੁ ਹੋਵੈ ਸਤਿਗੁਰੂ ਕਾ ਫਿਰਿ ਸਰਣਿ ਗੁਰ ਆਵੈ ॥ ਪਿਛਲੇ ਗੁਨਹ ਸਤਿਗੁਰੁ ਬਖਸਿ ਲਏ ਸਤਸੰਗਤਿ ਨਾਲਿ ਰਲਾਵੈ ॥ ਜਿਉ ਮੀਹਿ ਵੁਠੈ ਗਲੀਆ ਨਾਲਿਆ ਟੋਭਿਆ ਕਾ ਜਲੁ ਜਾਇ ਪਵੈ ਵਿਚਿ ਸੁਰਸਰੀ ਸੁਰਸਰੀ ਮਿਲਤ ਪਵਿਤ੍ਰੁ ਪਾਵਨੁ ਹੋਇ ਜਾਵੈ ॥ ਏਹ ਵਡਿਆਈ ਸਤਿਗੁਰ ਨਿਰਵੈਰ ਵਿਚਿ ਜਿਤੁ ਮਿਲਿਐ ਤਿਸਨਾ ਭੁਖ ਉਤਰੈ ਹਰਿ ਸਾਂਤਿ ਤੜ ਆਵੈ ॥ ਨਾਨਕ ਇਹੁ ਅਚਰਜੁ ਦੇਖਹੁ ਮੇਰੇ ਹਰਿ ਸਚੇ ਸਾਹ ਕਾ ਜਿ ਸਤਿਗੁਰੂ ਨੋ ਮੰਨੈ ਸੁ ਸਭਨਾਂ ਭਾਵੈ ॥੧੩॥੧॥ ਸੁਧੁ ॥

ਸੋਮਵਾਰ, ੨੪ ਚੇਤ (ਸੰਮਤ ੫੫੮ ਨਾਨਕਸ਼ਾਹੀ)

(ਅੰਗ: ੮੫੪)

ਪੰਜਾਬੀ ਵਿਆਖਿਆ

(ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ) ਆਪਣੇ ਆਤਮਕ ਜੀਵਨ ਨੂੰ (ਕਦੇ) ਪਰਖਦਾ ਨਹੀਂ, ਉਹ ਪਰਮਾਤਮਾ ਨੂੰ (ਕਿਤੇ) ਦੂਰ ਵੱਸਦਾ ਸਮਝਦਾ ਹੈ, ਉਸ ਨੂੰ ਗੁਰੂ ਦੀ ਦੱਸੀ ਕਾਰ (ਸਦਾ) ਭੁੱਲੀ ਰਹਿੰਦੀ ਹੈ, (ਇਸ ਵਾਸਤੇ ਉਸ ਦਾ) ਮਨ (ਪਰਮਾਤਮਾ ਦੀ) ਹਜ਼ੂਰੀ ਵਿਚ (ਕਦੇ) ਨਹੀਂ ਟਿਕਦਾ । ਹੇ ਨਾਨਕ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੇ ਝੂਠੇ ਲਾਲਚ ਵਿਚ (ਲੱਗ ਕੇ) ਮਾਇਆ ਦੇ ਮੋਹ ਵਿਚ (ਫਸ ਕੇ ਹੀ ਆਪਣਾ) ਜੀਵਨ ਗਵਾ ਲਿਆ ਹੁੰਦਾ ਹੈ । ਜਿਹੜੇ ਮਨੁੱਖ ਸਿਫ਼ਤਿ-ਸਾਲਾਹ ਵਾਲੇ ਗੁਰ-ਸ਼ਬਦ ਦੀ ਰਾਹੀਂ (ਪਰਮਾਤਮਾ ਦੀ) ਹਜ਼ੂਰੀ ਟਿਕੇ ਰਹਿੰਦੇ ਹਨ, ਉਹਨਾਂ ਨੂੰ ਪਰਮਾਤਮਾ ਨੇ ਮਿਹਰ ਕਰ ਕੇ (ਆਪਣੇ ਚਰਨਾਂ ਵਿਚ) ਮਿਲਾ ਲਿਆ ਹੁੰਦਾ ਹੈ ।੧। ਹੇ ਭਾਈ! ਹਰੀ ਪ੍ਰਭੂ ਗੋਬਿੰਦ ਸਦਾ ਕਾਇਮ ਰਹਿਣ ਵਾਲਾ ਹੈ, (ਉਸ ਦੀ) ਸਿਫ਼ਤਿ-ਸਾਲਾਹ ਦਾ ਗੀਤ (ਉਸ ਦਾ) ਨਾਮ ਗੁਰੂ ਦੀ ਸਰਨ ਪਿਆਂ (ਮਿਲਦਾ ਹੈ) । (ਜਿਸ ਮਨੁੱਖ ਨੂੰ ਹਰਿ-ਨਾਮ ਮਿਲਦਾ ਹੈ, ਉਹ) ਹਰ ਵੇਲੇ ਹੀ ਨਾਮ ਸਿਮਰਦਾ ਰਹਿੰਦਾ ਹੈ, ਅਤੇ ਪਰਮਾਤਮਾ ਦਾ ਨਾਮ ਸਿਮਰਦਿਆਂ (ਉਸ ਦੇ) ਮਨ ਵਿਚ ਆਤਮਕ ਆਨੰਦ ਬਣਿਆ ਰਹਿੰਦਾ ਹੈ । ਪਰ, ਹੇ ਭਾਈ! ਪਰਮ ਆਨੰਦ ਦਾ ਮਾਲਕ ਪੂਰਨ ਪ੍ਰਭੂ ਪਰਮਾਤਮਾ ਵੱਡੇ ਭਾਗਾਂ ਨਾਲ ਹੀ ਮਿਲਦਾ ਹੈ । ਹੇ ਨਾਨਕ! (ਆਖ—ਜਿਨ੍ਹਾਂ) ਦਾਸਾਂ ਨੇ (ਪਰਮਾਤਮਾ ਦਾ) ਨਾਮ ਸਿਮਰਿਆ, ਉਹਨਾਂ ਦੇ ਮਨ ਵਿਚ ਉਹਨਾਂ ਦੇ ਤਨ ਵਿਚ ਮੁੜ ਕਦੇ (ਪਰਮਾਤਮਾ ਨਾਲੋਂ) ਵਿੱਥ ਨਹੀਂ ਬਣਦੀ ।੨। (ਜੇ) ਕੋਈ ਮਨੁੱਖ (ਪਹਿਲਾਂ) ਗੁਰੂ ਦੀ ਨਿੰਦਾ ਕਰਨ ਵਾਲਾ ਹੋਵੇ (ਪਰ) ਫਿਰ ਗੁਰੂ ਦੀ ਸਰਨ ਆ ਜਾਏ, ਤਾਂ ਸਤਿਗੁਰੂ (ਉਸ ਦੇ) ਪਿਛਲੇ ਔਗੁਣ ਬਖ਼ਸ਼ ਲੈਂਦਾ ਹੈ (ਤੇ ਉਸ ਨੂੰ) ਸਾਧ ਸੰਗਤਿ ਵਿਚ ਰਲਾ ਦੇਂਦਾ ਹੈ । ਹੇ ਭਾਈ! ਜਿਵੇਂ ਮੀਂਹ ਪਿਆਂ ਗਲੀਆਂ ਨਾਲਿਆਂ ਟੋਭਿਆਂ ਦਾ ਪਾਣੀ (ਜਦੋਂ) ਗੰਗਾ ਵਿਚ ਜਾ ਪੈਂਦਾ ਹੈ (ਤਾਂ) ਗੰਗਾ ਵਿਚ ਮਿਲਦਿਆਂ (ਹੀ ਉਹ ਪਾਣੀ) ਪੂਰਨ ਤੌਰ ਤੇ ਪਵਿੱਤਰ ਹੋ ਜਾਂਦਾ ਹੈ, (ਤਿਵੇਂ) ਨਿਰਵੈਰ ਸਤਿਗੁਰੂ ਵਿਚ (ਭੀ) ਇਹ ਗੁਣ ਹੈ ਕਿ ਉਸ (ਗੁਰੂ) ਨੂੰ ਮਿਲਿਆਂ (ਮਨੁੱਖ ਦੀ ਮਾਇਆ ਦੀ) ਤ੍ਰਿਹ (ਮਾਇਆ ਦੀ) ਭੁੱਖ ਦੂਰ ਹੋ ਜਾਂਦੀ ਹੈ (ਤੇ ਉਸ ਦੇ ਅੰਦਰ) ਪਰਮਾਤਮਾ (ਦੇ ਮਿਲਾਪ) ਦੀ ਠੰਢ ਤੁਰਤ ਪੈ ਜਾਂਦੀ ਹੈ ।ਹੇ ਨਾਨਕ! (ਆਖ—ਹੇ ਭਾਈ!) ਸਦਾ ਕਾਇਮ ਰਹਿਣ ਵਾਲੇ ਸ਼ਾਹ ਪਰਮਾਤਮਾ ਦਾ ਇਹ ਅਚਰਜ ਤਮਾਸ਼ਾ ਵੇਖੋ ਕਿ ਜਿਹੜਾ ਮਨੁੱਖ ਗੁਰੂ ਉਤੇ ਸਰਧਾ ਲਿਆਉਂਦਾ ਹੈ ਉਹ ਮਨੁੱਖ ਸਭਨਾਂ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ ।੧੩।੧।ਸੁਧੁ।

ਮਾਨ ਸਰਕਾਰ ਨੇ ਬਕਾਇਆ ਰਾਸ਼ੀ ਦੀ ਵਸੂਲੀ ਲਈ OTS 2025 ਦੀ ਆਖਰੀ ਮਿਤੀ ਵਧਾ ਕੇ 31 ਮਈ ਕੀਤੀ: ਹਰਪਾਲ ਚੀਮਾ

ਚੰਡੀਗੜ੍ਹ, 4 ਅਪ੍ਰੈਲ :

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ‘ਬਕਾਇਆ ਰਾਸ਼ੀ ਦੀ ਵਸੂਲੀ ਲਈ ਪੰਜਾਬ ਯਕਮੁਸ਼ਤ ਨਿਪਟਾਰਾ ਸਕੀਮ (ਓ.ਟੀ.ਐਸ.), 2025’ ਵਿੱਚ ਦੋ ਮਹੀਨੇ ਦੇ ਵਾਧੇ ਦਾ ਅਧਿਕਾਰਤ ਐਲਾਨ ਕੀਤਾ ਹੈ। ਪਹਿਲਾਂ ਇਸਦੀ ਆਖਰੀ ਮਿਤੀ 31 ਮਾਰਚ 2026 ਤੈਅ ਕੀਤੀ ਗਈ ਸੀ, ਪਰ ਹੁਣ ਅਰਜ਼ੀਆਂ ਜਮ੍ਹਾਂ ਕਰਨ ਦੀ ਆਖਰੀ ਮਿਤੀ ਵਧਾ ਕੇ 31 ਮਈ 2026 ਕਰ ਦਿੱਤੀ ਗਈ ਹੈ। ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਇਹ ਐਲਾਨ ਕਰਦਿਆਂ ਜ਼ੋਰ ਦੇ ਕੇ ਕਿਹਾ ਕਿ ਇਹ ਵਾਧਾ ਯੋਗ ਟੈਕਸ ਦਾਤਿਆਂ ਨੂੰ ਆਪਣੇ ਬਕਾਏ ਨਿਪਟਾਉਣ ਅਤੇ ਵੱਡੀ ਵਿੱਤੀ ਰਾਹਤ ਪ੍ਰਾਪਤ ਕਰਨ ਦਾ ਇੱਕ ਅਹਿਮ ਅਤੇ ਆਖਰੀ ਮੌਕਾ ਪ੍ਰਦਾਨ ਕਰੇਗਾ। ਉਨ੍ਹਾਂ ਅੱਗੇ ਚੇਤਾਵਨੀ ਦਿੱਤੀ ਕਿ ਕਰ ਵਿਭਾਗ ਨੇ ਪਹਿਲਾਂ ਹੀ ਟੈਕਸ ਡਿਫਾਲਟਰਾਂ ਨਾਲ ਸਬੰਧਤ 8,000 ਜਾਇਦਾਦਾਂ ਦੀ ਪਛਾਣ ਕਰ ਲਈ ਹੈ, ਜੇਕਰ ਉਹ ਇਸ ਆਖਰੀ ਮੌਕੇ ਦਾ ਤੁਰੰਤ ਲਾਭ ਨਹੀਂ ਲੈਂਦੇ ਤਾਂ ਜਲਦੀ ਹੀ ਇਨ੍ਹਾਂ ਦੀ ਨਿਲਾਮੀ ਕੀਤੀ ਜਾਵੇਗੀ।

ਇੱਥੇ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਇਸ ਪਹਿਲਕਦਮੀ ਦੀ ਤਾਜ਼ਾ ਪ੍ਰਗਤੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਕੀਮ ਨੂੰ ਸੂਬੇ ਭਰ ਵਿੱਚ ਮਿਲੇ ਭਰਵੇਂ ਅਤੇ ਉਤਸ਼ਾਹਜਨਕ ਹੁੰਗਾਰੇ ਬਾਰੇ ਦੱਸਿਆ। ਉਨ੍ਹਾਂ ਕਿਹਾ, “ਹੁਣ ਤੱਕ, ਕਰ ਵਿਭਾਗ ਨੂੰ ਸਫਲਤਾਪੂਰਵਕ 9,151 ਅਰਜ਼ੀਆਂ ਪ੍ਰਾਪਤ ਹੋਈਆਂ ਹਨ। ਇਸ ਉਤਸ਼ਾਹਪੂਰਨ ਸ਼ਮੂਲੀਅਤ ਸਦਕਾ 134.21 ਕਰੋੜ ਰੁਪਏ ਦੇ ਕੁੱਲ ਮਾਲੀਏ ਦੀ ਵਸੂਲੀ ਹੋਈ ਹੈ, ਜੋ ਕਿ ਮੌਜੂਦਾ ਸਰਕਾਰ ਵਿੱਚ ਟੈਕਸ ਦਾਤਿਆਂ ਦੇ ਵਿਸ਼ਵਾਸ ਅਤੇ ਨਿਰੰਤਰ ਮਾਲੀਆ ਜੁਟਾਉਣ ਦਾ ਪ੍ਰਤੀਕ ਹੈ। ਇਸ ਤੋਂ ਇਲਾਵਾ ਸੂਬਾ ਸਰਕਾਰ ਵੱਲੋਂ 446.17 ਕਰੋੜ ਰੁਪਏ ਦੀ ਪ੍ਰਭਾਵਸ਼ਾਲੀ ਛੋਟ ਦੇਣ ਸਦਕਾ ਕਾਰੋਬਾਰੀਆਂ ਨੂੰ ਇਸ ਪਹਿਲਕਦਮੀ ਦਾ ਬਹੁਤ ਫਾਇਦਾ ਹੋਇਆ ਹੈ।”

ਪਿਛਲੀਆਂ ਓ.ਟੀ.ਐਸ ਪਹਿਲਕਦਮੀਆਂ ਦੀ ਸਫਲਤਾ ‘ਤੇ ਚਾਨਣਾ ਪਾਉਂਦਿਆਂ, ਵਿੱਤ ਮੰਤਰੀ ਚੀਮਾ ਨੇ ਕਿਹਾ, “ਵਿੱਤੀ ਸਾਲ 2022-23 ਵਿੱਚ ਓ.ਟੀ.ਐਸ.-2 ਤਹਿਤ 2,487 ਅਰਜ਼ੀਆਂ ਪ੍ਰਾਪਤ ਹੋਈਆਂ ਅਤੇ ਉਨ੍ਹਾਂ ਦਾ ਨਿਪਟਾਰਾ ਕੀਤਾ ਗਿਆ ਸੀ, ਜਦਕਿ ਵਿੱਤੀ ਸਾਲ 2023-24 ਵਿੱਚ ਓ.ਟੀ.ਐਸ.-3 ਦੇ ਤਹਿਤ ਲਗਭਗ 70,000 ਅਰਜ਼ੀਆਂ ਦਾ ਨਿਪਟਾਰਾ ਕੀਤਾ ਗਿਆ। ਇਹ ਇਤਿਹਾਸਕ ਸ਼ਮੂਲੀਅਤ ਅਜਿਹੀਆਂ ਸਕੀਮਾਂ ਦੀ ਵੱਡੀ ਸਮਰੱਥਾ ਨੂੰ ਦਰਸਾਉਂਦੀ ਹੈ ਅਤੇ ਇਹ ਸੰਕੇਤ ਮਿਲਦਾ ਹੈ ਕਿ ਯੋਗ ਟੈਕਸ ਦਾਤਿਆਂ ਦਾ ਇੱਕ ਵੱਡਾ ਹਿੱਸਾ ਅਜੇ ਵੀ ਮੌਜੂਦਾ 2025 ਸਕੀਮ ਅਧੀਨ ਲਾਭ ਲੈਣ ਤੋਂ ਵਾਂਝਾ ਹੈ।” ਉਨ੍ਹਾਂ ਕਿਹਾ ਕਿ ਇਹ ਤਾਜ਼ਾ ਵਾਧਾ ਦੇਣ ਦਾ ਫੈਸਲਾ ਸਿੱਧੇ ਤੌਰ ‘ਤੇ ਫੀਲਡ ਤੋਂ ਮਿਲੇ ਫੀਡਬੈਕ ਦੇ ਆਧਾਰ ‘ਤੇ ਲਿਆ ਗਿਆ ਹੈ, ਜਿਸਦਾ ਮੁੱਖ ਉਦੇਸ਼ ਟੈਕਸ ਦਾਤਿਆਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣਾ, ਚੱਲ ਰਹੀਆਂ ਮੁਕੱਦਮੇਬਾਜ਼ੀਆਂ ਨੂੰ ਕਾਫ਼ੀ ਹੱਦ ਤੱਕ ਘਟਾਉਣਾ, ਅਤੇ ਸੂਬੇ ਦੇ ਖਜ਼ਾਨੇ ਲਈ ਮਾਲੀਏ ਦੀ ਵਸੂਲੀ ਨੂੰ ਹੋਰ ਵਧਾਉਣਾ ਹੈ।

ਮਿਤੀ ਵਿੱਚ ਵਾਧੇ ਦੀ ਸਹੂਲਤ ਦੇਣ ਦੇ ਬਾਵਜੂਦ, ਵਿੱਤ ਮੰਤਰੀ ਨੇ ਜਾਣਬੁੱਝ ਕੇ ਡਿਫਾਲਟਰ ਬਣਨ ਵਾਲਿਆਂ ਨੂੰ ਸਖ਼ਤ ਅਤੇ ਸਪੱਸ਼ਟ ਚੇਤਾਵਨੀ ਦਿੰਦਿਆਂ ਸਪੱਸ਼ਟ ਕੀਤਾ ਕਿ ਇਹ ਬਿਲਕੁਲ ਆਖਰੀ ਮੌਕਾ ਹੋਵੇਗਾ। ਵਿੱਤ ਮੰਤਰੀ ਚੀਮਾ ਨੇ ਕਿਹਾ, “ਜਿਹੜੇ ਟੈਕਸ ਦਾਤੇ 31 ਮਈ 2026 ਦੀ ਆਖਰੀ ਮਿਤੀ ਤੱਕ ਇਸ ਸਕੀਮ ਵਿੱਚ ਸ਼ਾਮਲ ਨਹੀਂ ਹੋਣਗੇ, ਉਨ੍ਹਾਂ ਨੂੰ ਕਾਨੂੰਨ ਦੇ ਅਨੁਸਾਰ ਸਖਤ ਵਸੂਲੀ ਕਾਰਵਾਈਆਂ ਦਾ ਸਾਹਮਣਾ ਕਰਨਾ ਪਵੇਗਾ। ਕਰ ਵਿਭਾਗ ਨੇ ਪਹਿਲਾਂ ਹੀ ਵੱਡੀ ਗਿਣਤੀ ਵਿੱਚ ਡਿਫਾਲਟ ਕੇਸਾਂ ਦੀ ਸਰਗਰਮੀ ਨਾਲ ਪਛਾਣ ਕਰ ਲਈ ਹੈ।”

ਵਿੱਤ ਮੰਤਰੀ ਚੀਮਾ ਨੇ ਸਪੱਸ਼ਟ ਕੀਤਾ ਕਿ ਜਿੱਥੇ ਵੀ ਲੋੜ ਪਈ, ਸੂਬਾ ਸਰਕਾਰ ਬਕਾਇਆ ਟੈਕਸ ਦੀ ਵਸੂਲੀ ਲਈ ਜਾਇਦਾਦਾਂ ਨੂੰ ਜ਼ਬਤ ਕਰਨ ਅਤੇ ਉਨ੍ਹਾਂ ਦੀ ਨਿਲਾਮੀ ਕਰਨ ਦੀ ਕਾਰਵਾਈ ਸਖਤੀ ਨਾਲ ਸ਼ੁਰੂ ਕਰੇਗੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵਿਆਪਕ ਨਜ਼ਰੀਏ ਨੂੰ ਦੁਹਰਾਉਂਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬਾ ਸਰਕਾਰ ਪੁਰਾਣੇ ਟੈਕਸ ਵਿਵਾਦਾਂ ਨੂੰ ਹੱਲ ਕਰਨ ਲਈ ਇੱਕ ਨਿਰਪੱਖ, ਪਾਰਦਰਸ਼ੀ, ਅਤੇ ਬਹੁਤ ਹੀ ਕੁਸ਼ਲ ਵਿਧੀ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ, “ਇਹ ਰਣਨੀਤਕ ਪਹੁੰਚ ਨਾ ਸਿਰਫ਼ ਵਪਾਰਕ ਭਾਈਚਾਰੇ ਦੇ ਪਿਛਲੇ ਬਕਾਇਆਂ ਨੂੰ ਖਤਮ ਕਰਕੇ ਉਨ੍ਹਾਂ ਦੀ ਮਦਦ ਕਰਦੀ ਹੈ ਬਲਕਿ ਸੂਬੇ ਦੀ ਵਿੱਤੀ ਸਥਿਤੀ ਨੂੰ ਵੀ ਮਜ਼ਬੂਤ ਕਰਦੀ ਹੈ। ਸਾਰੇ ਯੋਗ ਟੈਕਸ ਦਾਤਿਆਂ ਨੂੰ ਪੁਰਜ਼ੋਰ ਅਪੀਲ ਕੀਤੀ ਜਾਂਦੀ ਹੈ ਕਿ ਉਹ ਇਸ ਵਧਾਈ ਗਈ ਆਖਰੀ ਮਿਤੀ ਦਾ ਲਾਭ ਉਠਾਉਣ ਅਤੇ ਭਵਿੱਖ ਵਿੱਚ ਕਿਸੇ ਵੀ ਸਖਤ ਵਸੂਲੀ ਕਾਰਵਾਈ ਤੋਂ ਬਚਣ ਲਈ ਆਪਣੇ ਬਕਾਏ ਦਾ ਤੁਰੰਤ ਨਿਪਟਾਰਾ ਕਰਨ।”

‘ਖੇਤਾਂ ਤੋਂ ਪਲੇਟ ਤੱਕ’ ਪੰਜਾਬ ਦੀ ਖੇਤੀਬਾੜੀ ਨੂੰ ਮਜ਼ਬੂਤ ​​ਕਰਨ ਲਈ ਇੱਕ ਨਿਵੇਕਲੀ ਪਹਿਲਕਦਮੀ

ਚੰਡੀਗੜ੍ਹ, ਅਪ੍ਰੈਲ 4 :

ਟਿਕਾਊ ਖੇਤੀਬਾੜੀ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ, ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਆਰ ਈ: ਜੈਨਰੇਟਿੰਗ ਪੰਜਾਬ ਦੇ ਸਹਿਯੋਗ ਨਾਲ “ਮਿੱਟੀ ਤੋਂ ਥਾਲੀ” ਪਹਿਲਕਦਮੀ ਦੀ ਸ਼ੁਰੂਆਤ ਕੀਤੀ, ਜਿਸਦਾ ਉਦੇਸ਼ ਰਾਜ ਭਰ ਵਿੱਚ ਮਿੱਟੀ ਦੀ ਸਿਹਤ ਨੂੰ ਬਹਾਲ ਕਰਨਾ ਅਤੇ ਖੇਤੀ ਪ੍ਰਣਾਲੀ ਨੂੰ ਮਜ਼ਬੂਤ ਬਣਾਉਣਾ ਹੈ।

ਇਸ ਸਮਾਗਮ ਦੀ ਪ੍ਰਧਾਨਗੀ ਕਰਦੇ ਹੋਏ ਚੇਅਰਮੈਨ ਸ਼੍ਰੀ ਬਾਲ ਮੁਕੰਦ ਸ਼ਰਮਾ ਨੇ ਮਿੱਟੀ ਦੀ ਘੱਟਦੀ ਉਪਜਾਊ ਸ਼ਕਤੀ, ਭੂਮੀਗਤ ਪਾਣੀ ਦੀ ਕਮੀ ਅਤੇ ਵਾਤਾਵਰਣੀ ਚੁਣੌਤੀਆਂ ਨਾਲ ਨਜਿੱਠਣ ਲਈ ਸਾਂਝੀ ਪਹੁੰਚ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਸੈਮੀਨਾਰ ਦਾ ਅਰੰਭ ਕਰਦਿਆਂ ਮਿਸ ਸੁਮਿਤ ਸੰਧੂ (ਦਿੱਲੀ), ਸੰਸਥਾਪਕ ਸਟੀਵਰਡ, ਆਰ ਈ: ਜੈਨਰੇਟਿੰਗ ਪੰਜਾਬ ਨੂੰ ਏਜੰਡਾ ਪੇਸ਼ ਕਰਨ ਲਈ ਸੱਦਾ ਦਿੱਤਾ।

ਸੈਮੀਨਾਰ ਵਿੱਚ ਪੰਜਾਬ, ਯੂਐਸਏ ਅਤੇ ਯੂਕੇ ਤੋਂ ਆਏ ਲਗਭਗ ਡੇਢ ਦਰਜਨ ਮਾਹਿਰਾਂ ਅਤੇ ਚੁਣਵੇਂ ਕਿਸਾਨਾਂ ਨੇ ਭਾਗ ਲਿਆ ਅਤੇ ਆਪਣੇ ਵਿਚਾਰ ਸਾਂਝੇ ਕੀਤੇ। ਚਰਚਾ ਦੌਰਾਨ ਔਰਗੈਨਿਕ ਖੇਤੀ, ਬਦਲਵਾਂ ਫਸਲੀ ਚੱਕਰ, ਗੰਡੋਇਆ ਅਧਾਰਿਤ ਖਾਦ, ਮਿੱਟੀ ਵਿੱਚ ਜੈਵਿਕ ਕਾਰਬਨ, ਪਾਣੀ ਦੀ ਸਮਝਦਾਰ ਵਰਤੋਂ, ਫੂਡ ਪ੍ਰੋਸੈਸਿੰਗ ਅਤੇ ਐਕਸਪੋਰਟ ਵਰਗੇ ਅਹਿਮ ਮਸਲਿਆਂ ‘ਤੇ ਵਿਸਥਾਰ ਨਾਲ ਵਿਚਾਰ ਹੋਇਆ। ਸਾਰੇ ਵਿਚਾਰਾਂ ਦਾ ਕੇਂਦਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ “ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ” ਨਾਲ ਜੁੜਿਆ ਰਿਹਾ।

ਸੈਮੀਨਾਰ ਦੇ ਭਾਗੀਦਾਰਾਂ ਵਿੱਚ ਸੁਮਿਤ ਸੰਧੂ (ਦਿੱਲੀ), ਮੁਕਤੀ ਕੁਮਾਰ (ਜੰਮਪਲ, ਇੰਗਲੈਂਡ), ਜੋਤੀ ਸਰੂਪ (ਉਨਤੀ ਕਾਰਪੋਰੇਟਿਵ), ਰਜਨੀਸ਼ ਸ਼ਰਮਾ (ਗੰਡੋਇਆ ਦੀ ਖਾਦ ਬਣਾਉਣ ਵਿੱਚ ਮਾਹਿਰ), ਜਤਿੰਦਰ ਕੌਰ ਅਰੋੜਾ (ਸਾਬਕਾ ਕਾਰਜਕਾਰੀ ਨਿਰਦੇਸ਼ਕ, ਵਿਗਿਆਨ ਅਤੇ ਤਕਨਾਲੋਜੀ ਕੌਂਸਲ), ਰਿਪਨਦੀਪ ਸਿੰਘ (ਸਹਾਇਕ ਡਾਇਰੈਕਟਰ, ਚੰਡੀਗੜ੍ਹ ਯੂਨੀਵਰਸਿਟੀ, ਘੜੂੰਆਂ), ਤਰੂਨ ਸੇਨ (ਮੈਨੇਜਰ, ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਲਿਮਿਟੇਡ), ਐਨ. ਐਸ. ਬਰਾੜ (ਚੇਅਰਮੈਨ, ਪੈਗਰੋ ਫ੍ਰੋਜ਼ਨ ਫੂਡਜ਼ ਪ੍ਰਾਈਵੇਟ ਲਿਮਿਟੇਡ), ਕੇ. ਬੀ. ਸਿੰਘ (ਡਾਇਰੈਕਟਰ, ਪਾਮੇਟੀ, ਪੀ.ਏ.ਯੂ.), ਜਸਪ੍ਰੀਤ ਸਿੰਘ (ਹਲਦੀ ਉਤਪਾਦਕ ਕਿਸਾਨ), ਚਮਕੌਰ ਸਿੰਘ (ਮੋਗਾ), ਗੁਰਮੁਖ ਸਿੰਘ (ਬਟਾਲਾ), ਧਾਲੀਵਾਲ ਸਾਹਿਬ (ਯੂਐਸਏ), ਸਰਬਜੀਤ ਬਾਜਵਾ (ਅੰਮ੍ਰਿਤਸਰ), ਮਾਹਿਰ ਸੱਤ ਸਿੰਘ ਜੀ ਅਤੇ ਹੋਰ ਕਈ ਅਗਾਂਹਵਧੂ ਕਿਸਾਨ ਅਤੇ ਵਿਦਵਾਨ ਸ਼ਾਮਲ ਸਨ।

ਇਸ ਤੋਂ ਇਲਾਵਾ, ਕਮਿਸ਼ਨ ਦੇ ਮੈਂਬਰ ਸਰਦਾਰ ਜਸਵੀਰ ਸਿੰਘ ਸੇਖੋਂ ਅਤੇ ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ ਵੀ ਮੌਜੂਦ ਰਹੇ ਅਤੇ ਉਨ੍ਹਾਂ ਨੇ ਸੈਮੀਨਾਰ ਦੀ ਸਫਲਤਾ ‘ਤੇ ਸੰਤੁਸ਼ਟੀ ਜਤਾਉਂਦੇ ਹੋਏ ਚੇਅਰਮੈਨ ਬਾਲ ਮੁਕੰਦ ਸ਼ਰਮਾ ਦੀ ਅਗਵਾਈ ਦੀ ਪ੍ਰਸ਼ੰਸਾ ਕੀਤੀ।

ਮੁਕਤੀ ਕੁਮਾਰ (ਕਾਰਬਨ ਸਾਵੀ, ਯੂਕੇ) ਨੇ ਮਿੱਟੀ ਵਿੱਚ ਜੈਵਿਕ ਕਾਰਬਨ ਦੀ ਮਹੱਤਤਾ ਉਜਾਗਰ ਕੀਤੀ, ਜਦਕਿ ਡਾ. ਬਲਜਿੰਦਰ ਸਿੰਘ ਸੈਣੀ (ਮੁੱਖੀ, ਟਾਟਾ ਟਰੱਸਟ ਪੰਜਾਬ) ਨੇ ਮਿੱਟੀ ਦੀ ਗੁਣਵੱਤਾ ਸੁਧਾਰਨ ਲਈ ਵਿਹਾਰਕ ਸਿਫ਼ਾਰਸ਼ਾਂ ਸਾਂਝੀਆਂ ਕੀਤੀਆਂ।

ਇਸ ਪਹਿਲਕਦਮੀ ਤਹਿਤ ਇੱਕ “ਥਿੰਕ ਐਂਡ ਡੂ ਟੈਂਕ” ਦੇ ਗਠਨ ਦਾ ਵੀ ਐਲਾਨ ਕੀਤਾ ਗਿਆ, ਜੋ ਪੰਜਾਬ ਵਿੱਚ ਖੇਤੀਬਾੜੀ ਦੀ ਪੁਨਰ ਸੁਰਜੀਤੀ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਵਿੱਚ ਮਦਦਗਾਰ ਸਾਬਤ ਹੋਵੇਗਾ।

ਡਾ. ਰਵਜੋਤ ਸਿੰਘ ਨੇ ਜੇਲ੍ਹ ਵਿਭਾਗ ਦੀ ਕਾਰਗੁਜ਼ਾਰੀ ਦੀ ਸਮੀਖਿਆ, ਜੇਲ੍ਹ ਸੁਪਰਡੈਂਟਾਂ ਨਾਲ ਕੀਤੀ ਮੀਟਿੰਗ

ਚੰਡੀਗੜ੍ਹ/ਹੁਸ਼ਿਆਰਪੁਰ, 04 ਅਪ੍ਰੈਲ :

ਪੰਜਾਬ ਦੇ ਸੰਸਦੀ ਮਾਮਲਿਆਂ, ਐਨ.ਆਰ.ਆਈ ਮਾਮਲੇ ਅਤੇ ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਹੁਸ਼ਿਆਰਪੁਰ ਦੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿੱਚ ਸਾਰੇ ਜੇਲ੍ਹ ਸੁਪਰਡੈਂਟਾਂ ਦੀ ਮੀਟਿੰਗ ਦੀ ਅਗਵਾਈ ਕੀਤੀ।

ਇਸ ਮੀਟਿੰਗ ਵਿੱਚ ਸ੍ਰੀ ਅਰੁਣ ਪਾਲ ਸਿੰਘ, ਆਈਪੀਐਸ, ਏਡੀਜੀਪੀ ਜੇਲ੍ਹਾਂ, ਸ਼੍ਰੀ ਸੁਰਿੰਦਰ ਪਾਲ ਸਿੰਘ ਮੰਡ, ਆਈਪੀਐਸ, ਡੀਆਈਜੀ ਜੇਲ੍ਹਾਂ (ਫਿਰੋਜ਼ਪੁਰ ਅਤੇ ਪਟਿਆਲਾ ਰੇਂਜ), ਸ਼੍ਰੀ ਸੁਖਮੰਦਰ ਸਿੰਘ ਮਾਨ, ਆਈਪੀਐਸ, ਡੀਆਈਜੀ ਜੇਲ੍ਹਾਂ (ਅੰਮ੍ਰਿਤਸਰ ਰੇਂਜ) ਅਤੇ ਸ਼੍ਰੀ ਮਨਮੋਹਨ ਕੁਮਾਰ, ਡੀਆਈਜੀ ਹੈੱਡਕੁਆਰਟਰ ਸਮੇਤ ਸਾਰੇ ਜੇਲ੍ਹ ਸੁਪਰਡੈਂਟ ਅਤੇ ਜੇਲ੍ਹ ਮੁੱਖ ਦਫ਼ਤਰ ਦੇ ਅਧਿਕਾਰੀ ਹਾਜ਼ਰ ਸਨ।

ਇਹ ਮੀਟਿੰਗ ਜੇਲ੍ਹ ਅਧਿਕਾਰੀਆਂ ਨਾਲ ਸ਼ੁਰੂਆਤੀ ਜਾਣ-ਪਹਿਚਾਣ ਸਬੰਧੀ ਸੀ, ਜਿਸ ਦੌਰਾਨ ਜੇਲ੍ਹ ਮੰਤਰੀ ਨੂੰ ਵਿਭਾਗ ਦੀ ਸਮੁੱਚੀ ਕਾਰਗੁਜ਼ਾਰੀ ਅਤੇ ਅਹਿਮ ਪਹਿਲਕਦਮੀਆਂ ਬਾਰੇ ਜਾਣੂ ਕਰਵਾਇਆ ਗਿਆ, ਜਿਨ੍ਹਾਂ ਵਿੱਚ ਜੇਲ੍ਹਾਂ ਵਿੱਚ ਭੀੜਭਾੜ ਅਤੇ ਉੱਚ-ਖ਼ਤਰੇ ਵਾਲੇ ਕੈਦੀਆਂ ਦੇ ਪ੍ਰਬੰਧਨ ਵਰਗੀਆਂ ਚੁਣੌਤੀਆਂ ਦਾ ਹੱਲ ਕਰਨਾ ਸ਼ਾਮਲ ਹੈ।

ਜੇਲ੍ਹ ਮੰਤਰੀ ਨੂੰ ਪ੍ਰਸਤਾਵਿਤ “ਪੰਜਾਬ ਪ੍ਰਿਜ਼ਨਜ਼ ਐਂਡ ਕਰੈਕਸ਼ਨਲ ਸਰਵਿਸਿਜ਼ ਬਿੱਲ” ਅਤੇ “ਪੰਜਾਬ ਗੁੱਡ ਕੰਡਕਟ ਪ੍ਰਿਜ਼ਨਰਜ਼ ਬਿੱਲ” ਬਾਰੇ ਵੀ ਜਾਣਕਾਰੀ ਦਿੱਤੀ ਗਈ, ਜੋ ਇਸ ਵੇਲੇ ਪੰਜਾਬ ਸਰਕਾਰ ਦੇ ਵਿਚਾਰ ਅਧੀਨ ਹਨ। ਇਸ ਤੋਂ ਇਲਾਵਾ, ਵਿਭਾਗ ਦੀ ਪੁਨਰ-ਰਚਨਾ ਸਬੰਧੀ ਪ੍ਰਸਤਾਵਾਂ ‘ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ, ਜਿਸ ਵਿੱਚ ਸੂਬੇ ਦੀਆਂ ਸਾਰੀਆਂ ਜੇਲ੍ਹਾਂ ਵਿੱਚ ਕਾਰਗੁਜ਼ਾਰੀ ਮਜ਼ਬੂਤ ਕਰਨ ਲਈ ਵਾਧੂ ਅਸਾਮੀਆਂ ਦੀ ਲੋੜ ਸ਼ਾਮਲ ਹੈ।

ਕੈਬਨਿਟ ਮੰਤਰੀ ਨੇ ਜੇਲ੍ਹ ਸੁਪਰਡੈਂਟਾਂ ਵੱਲੋਂ ਉਠਾਏ ਗਏ ਮੁੱਦਿਆਂ ਨੂੰ ਵੀ ਧਿਆਨ ਨਾਲ ਸੁਣਿਆ, ਜਿਨ੍ਹਾਂ ਵਿੱਚ ਸਟਾਫ ਦੀ ਘਾਟ ਅਤੇ ਸੀਵਰੇਜ ਟ੍ਰੀਟਮੈਂਟ ਪਲਾਂਟਾਂ ਦੀ ਕਾਰਗੁਜ਼ਾਰੀ, ਜੇਲ੍ਹਾਂ ਵਿੱਚ ਟਾਇਲਟਾਂ ਦੀ ਮੁਰੰਮਤ ਅਤੇ ਰਿਹਾਇਸ਼ੀ ਕਾਲੋਨੀਆਂ ਦੀ ਮੁਰੰਮਤ ਵਰਗੀਆਂ ਚਿੰਤਾਵਾਂ ਸ਼ਾਮਲ ਹਨ।

ਇਸ ਮੌਕੇ ਜੇਲ੍ਹ ਮੰਤਰੀ ਨੂੰ ਚੱਲ ਰਹੇ ਅਤੇ ਭਵਿੱਖ ‘ਚ ਆਉਣ ਵਾਲੇ ਢਾਂਚਾਗਤ ਪ੍ਰੋਜੈਕਟਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ, ਜਿਨ੍ਹਾਂ ਵਿੱਚ ਲੁਧਿਆਣਾ ਵਿੱਚ ਹਾਈ ਸਕਿਉਰਟੀ ਜੇਲ੍ਹ ਦੀ ਉਸਾਰੀ ਅਤੇ ਪਟਿਆਲਾ ਵਿੱਚ ਮਹਿਲਾ ਓਪਨ ਜੇਲ੍ਹ ਦੀ ਸਥਾਪਨਾ ਦੇ ਪ੍ਰਸਤਾਵ ਸ਼ਾਮਲ ਹਨ। ਜੇਲ੍ਹ ਮੰਤਰੀ ਨੇ ਦੋਵੇਂ ਪ੍ਰੋਜੈਕਟਾਂ ਦੇ ਕੰਮ ਨੂੰ ਜਲਦੀ ਪੂਰਾ ਕਰਨ ‘ਤੇ ਜ਼ੋਰ ਦਿੱਤਾ ਤਾਂ ਜੋ ਇਹ ਜਲਦ ਤੋਂ ਜਲਦ ਚਾਲੂ ਕੀਤੇ ਜਾ ਸਕਣ।

ਆਪਣੇ ਸੰਬੋਧਨ ਵਿੱਚ ਡਾ. ਰਵਜੋਤ ਸਿੰਘ ਨੇ ਅਧਿਕਾਰੀਆਂ ਨੂੰ ਇਮਾਨਦਾਰੀ, ਮਿਹਨਤ ਅਤੇ ਬਿਨ੍ਹਾਂ ਕਿਸੇ ਦਬਾਅ ਦੇ ਕੰਮ ਕਰਨ ਲਈ ਪ੍ਰੇਰਿਤ ਕੀਤਾ ਅਤੇ ਜੇਲ੍ਹਾਂ ਵਿੱਚ ਗੈਰਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਹੋਰ ਮਜ਼ਬੂਤ ਯਤਨ ਕਰਨ ਅਤੇ ਕੈਦੀਆਂ ਦੀ ਸੁਧਾਰ ਅਤੇ ਪੁਨਰਵਾਸ ਪ੍ਰਕਿਰਿਆ ਨੂੰ ਬਿਹਤਰ ਬਣਾਉਣ ‘ਤੇ ਜ਼ੋਰ ਦਿੱਤਾ।

ਪੰਜਾਬ

ਦੇਸ਼