Breaking News
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ : ਅੱਜ ਦਾ ਹੁਕਮਨਾਮਾ

ਮੁੱਖਵਾਕ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ

30-06-2026

ਧਨਾਸਰੀ ਮਹਲਾ ੫ ॥

ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥ ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥ ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥ ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥ ਨਿਰਭਉ ਭਏ ਸਦਾ ਸੁਖ ਮਾਣੇ ਨਾਨਕ ਹਰਿ ਗੁਣ ਗਾਇ॥੨॥੧੭॥

ਮੰਗਲਵਾਰ, ੧੬ ਹਾੜ (ਸੰਮਤ ੫੫੮ ਨਾਨਕਸ਼ਾਹੀ)(ਅੰਗ: ੬੭੫)

ਪੰਜਾਬੀ ਵਿਆਖਿਆ

ਹੇ ਭਾਈ! ਜਿਸ ਗੁਰੂ ਨੇ ਸਰਨ ਆਏ ਹਰੇਕ ਮਨੁੱਖ ਦਾ ਬੋਦੀ ਵਾਲਾ ਤਾਰਾ ਹੀ ਸਦਾ ਕੱਟ ਦਿੱਤਾ ਹੈ(ਜੇਹੜਾ ਗੁਰੂ ਹਰੇਕ ਸਰਨ ਆਏ ਮਨੁੱਖ ਦੇ ਦੁੱਖਾਂ ਦੀ ਜੜ੍ਹ ਹੀ ਕੱਟ ਦੇਂਦਾ ਹੈ), ਉਹ ਗੁਰੂ ਮੇਰਾ ਭੀ ਸਦਾ ਲਈ ਮਦਦਗਾਰ ਬਣ ਗਿਆ ਹੈ, ਤੇ ਉਸ ਦੀ ਕਿਰਪਾ ਨਾਲ ਮੇਰਾ ਪਰਮਾਤਮਾ ਨਾਲ ਪਿਆਰ ਬਣ ਗਿਆ ਹੈ।੧।ਰਹਾਉ। ਹੇ ਭਾਈ! ਉਹ ਪਰਮਾਤਮਾ ਆਪਣੇ ਸੇਵਕਾਂ ਨੂੰ ਆਪਣੇ ਹੱਥ ਦੇ ਕੇ ਦੁੱਖਾਂ ਤੋਂ ਬਚਾਂਦਾ ਹੈ, ਸੇਵਕਾਂ ਨੂੰ ਆਪਣੇ ਬਣਾ ਕੇ ਉਹਨਾਂ ਦਾ ਸਾਰਾ ਦੁੱਖ-ਦਰਦ ਮਿਟਾ ਦੇਂਦਾ ਹੈ। ਪਰਮਾਤਮਾ ਆਪਣੇ ਸੇਵਕਾਂ ਦਾ ਆਪ ਮਦਦਗਾਰ ਬਣਦਾ ਹੈ, ਤੇ, ਉਹਨਾਂ ਦੀ ਨਿੰਦਾ ਕਰਨ ਵਾਲਿਆਂ ਦੇ ਮੂੰਹ ਕਾਲੇ ਕਰਦਾ ਹੈ।੧। ਹੇ ਨਾਨਕ! ਸਦਾ ਕਾਇਮ ਰਹਿਣ ਵਾਲਾ ਮਾਲਕ ਆਪਣੇ ਸੇਵਕਾਂ ਦਾ ਆਪ ਰਾਖਾ ਬਣਦਾ ਹੈ, ਉਹਨਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ। ਪਰਮਾਤਮਾ ਦੇ ਸੇਵਕ ਪਰਮਾਤਮਾ ਦੇ ਗੁਣ ਗਾ ਗਾ ਕੇ,ਤੇ, ਸਦਾ ਆਤਮਕ ਆਨੰਦ ਮਾਣ ਕੇ ਦੁੱਖਾਂ ਕਲੇਸ਼ਾਂ ਵਲੋਂ ਨਿਡਰ ਹੋ ਜਾਂਦੇ ਹਨ।੨।੧੭।

English Translation

DHANAASAREE, FIFTH MEHL:I have fallen in love with the Lord. My True Guru is always my help and support; He has torn down the banner of pain. || 1 || Pause || Giving me His hand, He has protected me as His own, and removed all my troubles. He has blackened the faces of the slanderers, and He Himself has become the help and support of His humble servant. || 1 || The True Lord and Master has become my Saviour; hugging me close in His embrace, He has saved me. Nanak has become fearless, and he enjoys eternal peace, singing the Glorious Praises of the Lord. || 2 || 17 ||Tuesday, 16th Assaar (Samvat 558 Nanakshahi)

ਜਲੰਧਰ ’ਚ ਵਾਪਰਿਆ ਭਿਆਨਕ ਸੜਕ ਹਾਦਸਾ, 4 ਦੀ ਮੌਤ

ਜਲੰਧਰ, 29 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਜਲੰਧਰ ਦੇ ਕਿਸ਼ਨਗੜ੍ਹ ਚੌਕ ਉਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ 4 ਲੋਕਾਂ ਦੀ ਮੌਤ ਹੋਣ ਦੀ ਦੁੱਖਦਾਈ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਕਿਸ਼ਨਗੜ੍ਹ ਚੌਕ ਨੇੜੇ ਦੋ ਕਾਰਾਂ ਦੀ ਆਪਸ ਵਿੱਚ ਜ਼ੋਰਦਾਰ ਟੱਕਰ ਹੋ ਗਈ। ਇਹ ਟੱਕਰ ਐਨੀ ਭਿਆਨਕ ਸੀ ਕਿ ਇਸ ਹਾਦਸੇ ਵਿੱਚ 2 ਔਰਤ, ਇਕ ਬੱਚਾ ਅਤੇ ਇਕ ਆਰਮੀ ਜਵਾਨ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਹਿੰਮਤਪੁਰ ਦਾ ਰਹਿਣ ਵਾਲਾ ਨੌਜਵਾਨ ਦੋ ਦਿਨ ਪਹਿਲਾਂ ਹੀ ਫੌਜ ਵਿਚੋਂ ਛੁੱਟੀ ਉਤੇ ਆਇਆ ਸੀ। ਅੱਜ ਪਰਿਵਾਰ ਨਾਲ ਮੱਥਾ ਟੇਕਣ ਲਈ ਹਜ਼ੂਰ ਸਾਹਿਬ ਜਾ ਰਿਹਾ ਸੀ। ਜਾਂਦੇ ਸਮੇਂ ਰਸਤੇ ਵਿੱਚ ਇਹ ਹਾਦਸਾ ਵਾਪਰ ਗਿਆ।

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵੱਲੋਂ SIR-2026 ਤਹਿਤ ਐਨੁਮੇਰੇਸ਼ਨ ਫਾਰਮਾਂ ਦੀ ਵੰਡ ਦਾ ਜਾਇਜ਼ਾ; ਪੋਲਿੰਗ ਬੂਥਾਂ ਦਾ ਕੀਤਾ ਦੌਰਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 29 ਜੂਨ:

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਕੋਮਲ ਮਿੱਤਲ ਨੇ ਅੱਜ ਵਿਸ਼ੇਸ਼ ਇੰਟੈਂਸਿਵ ਰੀਵਿਜ਼ਨ (ਐੱਸ.ਆਈ.ਆਰ.-2026) ਤਹਿਤ ਚੱਲ ਰਹੀ ਐਨੁਮੇਰੇਸ਼ਨ ਫਾਰਮਾਂ ਦੀ ਵੰਡ ਮੁਹਿੰਮ ਵਿੱਚ ਹੋਰ ਤੇਜ਼ੀ ਲਿਆਉਣ ਦੇ ਮੰਤਵ ਨਾਲ ਵਿਧਾਨ ਸਭਾ ਹਲਕਾ ਐੱਸ.ਏ.ਐੱਸ. ਨਗਰ ਦੇ ਬੜ੍ਹ ਮਾਜਰਾ ਇਲਾਕੇ ਦੇ ਪੋਲਿੰਗ ਬੂਥ ਨੰਬਰ 8, 9, 10, 11, 12, 16 ਅਤੇ 21 ਦਾ ਦੌਰਾ ਕਰਕੇ ਪ੍ਰਗਤੀ ਦਾ ਜਾਇਜ਼ਾ ਲਿਆ।

ਦੌਰੇ ਦੌਰਾਨ ਉਨ੍ਹਾਂ ਨੇ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼.) ਨਾਲ ਗੱਲਬਾਤ ਕਰਦਿਆਂ ਐਨੁਮੇਰੇਸ਼ਨ ਫਾਰਮਾਂ ਦੀ ਵੰਡ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਹਦਾਇਤ ਕੀਤੀ ਕਿ ਇਹ ਕਾਰਜ ਨਿਰਧਾਰਿਤ ਸਮਾਂ-ਸੀਮਾ ਅੰਦਰ ਪੂਰੀ ਜ਼ਿੰਮੇਵਾਰੀ ਅਤੇ ਪਾਰਦਰਸ਼ਤਾ ਨਾਲ ਮੁਕੰਮਲ ਕੀਤਾ ਜਾਵੇ ਤਾਂ ਜੋ ਕੋਈ ਵੀ ਯੋਗ ਵੋਟਰ ਇਸ ਪ੍ਰਕਿਰਿਆ ਤੋਂ ਵਾਂਝਾ ਨਾ ਰਹੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਐਨੁਮੇਰੇਸ਼ਨ ਫਾਰਮਾਂ ਦੀ ਵੰਡ ਅਤੇ ਇਕੱਤਰ ਕਰਨ ਦਾ ਕੰਮ 25 ਜੂਨ ਤੋਂ 24 ਜੁਲਾਈ, 2026 ਤੱਕ ਚੱਲੇਗਾ। ਉਨ੍ਹਾਂ ਸਮੂਹ ਯੋਗ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਗਿਣਤੀ ਫਾਰਮ ਸਮੇਂ ਸਿਰ ਭਰ ਕੇ ਜਮ੍ਹਾਂ ਕਰਵਾਉਣ ਅਤੇ ਇਸ ਮਹੱਤਵਪੂਰਨ ਪ੍ਰਕਿਰਿਆ ਵਿੱਚ ਆਪਣਾ ਯੋਗਦਾਨ ਪਾਉਣ।

ਉਨ੍ਹਾਂ ਦੱਸਿਆ ਕਿ ਵੋਟਰ ਕਿਸੇ ਵੀ ਸਹਾਇਤਾ ਜਾਂ ਜਾਣਕਾਰੀ ਲਈ ਈ.ਸੀ.ਆਈ.ਨੈੱਟ (ECINet) ਪੋਰਟਲ ਰਾਹੀਂ ਆਪਣੇ ਬੀ.ਐਲ.ਓ. ਨਾਲ ਕਾਲ ਬੁੱਕ ਕਰ ਸਕਦੇ ਹਨ ਜਾਂ ਵੋਟਰ ਹੈਲਪਲਾਈਨ 1950 ‘ਤੇ ਸੰਪਰਕ ਕਰ ਸਕਦੇ ਹਨ।

ਉਨ੍ਹਾਂ ਨੇ ਜ਼ਿਲ੍ਹੇ ਵਿੱਚ ਐਨੁਮੇਰੇਸ਼ਨ ਫਾਰਮਾਂ ਦੀ ਵੰਡ ਦੀ ਪ੍ਰਗਤੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਧਾਨ ਸਭਾ ਹਲਕਾ ਖਰੜ ਦੇ 18, ਐੱਸ.ਏ.ਐੱਸ. ਨਗਰ ਦੇ 7 ਅਤੇ ਡੇਰਾਬੱਸੀ ਦੇ 13 ਪੋਲਿੰਗ ਸਟੇਸ਼ਨਾਂ ‘ਤੇ 91 ਤੋਂ 99 ਫ਼ੀਸਦੀ ਵੰਡ ਪੂਰੀ ਹੋ ਚੁੱਕੀ ਹੈ।

ਇਸੇ ਤਰ੍ਹਾਂ ਖਰੜ ਦੇ 8, ਐੱਸ.ਏ.ਐੱਸ. ਨਗਰ ਦੇ 6 ਅਤੇ ਡੇਰਾਬੱਸੀ ਦੇ 10 ਪੋਲਿੰਗ ਸਟੇਸ਼ਨਾਂ ‘ਤੇ 80 ਤੋਂ 90 ਫ਼ੀਸਦੀ ਵੰਡ ਹੋ ਚੁੱਕੀ ਹੈ। ਜਦਕਿ ਖਰੜ ਦੇ 10, ਐੱਸ.ਏ.ਐੱਸ. ਨਗਰ ਦੇ 2 ਅਤੇ ਡੇਰਾਬੱਸੀ ਦੇ 9 ਪੋਲਿੰਗ ਸਟੇਸ਼ਨਾਂ ‘ਤੇ 100 ਫ਼ੀਸਦੀ ਐਨੁਮੇਰੇਸ਼ਨ ਫਾਰਮਾਂ ਦੀ ਵੰਡ ਮੁਕੰਮਲ ਕੀਤੀ ਜਾ ਚੁੱਕੀ ਹੈ।

ਸ੍ਰੀਮਤੀ ਕੋਮਲ ਮਿੱਤਲ ਨੇ ਭਰੋਸਾ ਜਤਾਇਆ ਕਿ ਬੂਥ ਲੈਵਲ ਅਫ਼ਸਰਾਂ, ਰਾਜਨੀਤਿਕ ਪਾਰਟੀਆਂ ਵੱਲੋਂ ਤਾਇਨਾਤ ਬੂਥ ਲੈਵਲ ਏਜੰਟਾਂ ਅਤੇ ਵੋਟਰਾਂ ਦੇ ਸਹਿਯੋਗ ਨਾਲ ਜ਼ਿਲ੍ਹੇ ਵਿੱਚ ਵਿਸ਼ੇਸ਼ ਇੰਟੈਂਸਿਵ ਰੀਵਿਜ਼ਨ (ਐੱਸ.ਆਈ.ਆਰ.-2026) ਦੀ ਪ੍ਰਕਿਰਿਆ ਨਿਰਧਾਰਿਤ ਸਮਾਂ-ਸੀਮਾ ਅੰਦਰ ਸਫ਼ਲਤਾਪੂਰਵਕ ਸੰਪੂਰਨ ਕੀਤੀ ਜਾਵੇਗੀ।

ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਅਤੇ ਲੋੜਵੰਦ ਨਾਗਰਿਕਾਂ ਦੀ ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ 1,583 ਕਰੋੜ ਰੁਪਏ ਜਾਰੀ

ਚੰਡੀਗੜ੍ਹ, 29 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਭਰ ਦੇ ਹਜ਼ਾਰਾਂ ਬਜ਼ੁਰਗ ਨਾਗਰਿਕਾਂ ਅਤੇ ਲੋੜਵੰਦ ਪਰਿਵਾਰਾਂ ਲਈ ਸਮੇਂ ਸਿਰ ਮਿਲਣ ਵਾਲੀ ਸਮਾਜਿਕ ਸੁਰੱਖਿਆ ਸਹਾਇਤਾ ਸਿਰਫ਼ ਇੱਕ ਵਿੱਤੀ ਮਦਦ ਹੀ ਨਹੀਂ, ਸਗੋਂ ਉਨ੍ਹਾਂ ਦੇ ਮਾਣ-ਸਤਿਕਾਰ ਅਤੇ ਸੁਰੱਖਿਆ ਦਾ ਇੱਕ ਵੱਡਾ ਜ਼ਰੀਆ ਹੈ। ਇਸ ਵਚਨਬੱਧਤਾ ਤਹਿਤ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿੱਤੀ ਸਾਲ 2026-27 ਦੌਰਾਨ ਹੁਣ ਤੱਕ 1583 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ।

ਸਰਕਾਰ ਦੇ ਇਸ ਕਦਮ ਨਾਲ ਲੱਖਾਂ ਬਜ਼ੁਰਗਾਂ, ਵਿਧਵਾਵਾਂ, ਨਿਆਸਰਿਤ ਔਰਤਾਂ, ਅਨਾਥ ਬੱਚਿਆਂ ਅਤੇ ਦਿਵਿਆਂਗ ਵਿਅਕਤੀਆਂ ਨੂੰ ਵਿੱਤੀ ਸਹਾਇਤਾ ਵਜੋਂ ਸਿੱਧਾ ਲਾਭ ਮਿਲਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਇਹ ਯਕੀਨੀ ਬਣਾ ਕੇ ਸਮਾਜਿਕ ਸੁਰੱਖਿਆ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਹੈ ਕਿ ਸਭ ਤੋਂ ਵੱਧ ਲੋੜਵੰਦ ਲੋਕਾਂ ਤੱਕ ਸਮੇਂ ਸਿਰ ਅਤੇ ਪੂਰੇ ਮਾਣ-ਸਤਿਕਾਰ ਨਾਲ ਮਦਦ ਪਹੁੰਚੇ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ, “ਸਾਡੀ ਸਰਕਾਰ ਲਈ ਸਮਾਜਿਕ ਸੁਰੱਖਿਆ ਸਿਰਫ਼ ਇੱਕ ਬਜਟ ਦੀ ਵਿਵਸਥਾ ਨਹੀਂ, ਬਲਕਿ ਲੋੜਵੰਦ ਵਰਗਾਂ ਪ੍ਰਤੀ ਇੱਕ ਪਵਿੱਤਰ ਵਚਨਬੱਧਤਾ ਹੈ।” ਉਨ੍ਹਾਂ ਖੁਲਾਸਾ ਕੀਤਾ ਕਿ ਪੰਜਾਬ ਸਰਕਾਰ ਨੇ ਚਾਲੂ ਮਾਲੀ ਸਾਲ ਦੌਰਾਨ ਸਮਾਜਿਕ ਸੁਰੱਖਿਆ ਅਤੇ ਭਲਾਈ ਸਕੀਮਾਂ ਲਈ 6,131.91 ਕਰੋੜ ਰੁਪਏ ਦਾ ਵੱਡਾ ਬਜਟ ਰੱਖਿਆ ਹੈ। ਇਹ ਇਤਿਹਾਸਕ ਬਜਟ ਵਿਵਸਥਾ ਸੂਬੇ ਦੇ ਲਗਭਗ 36 ਲੱਖ ਲਾਭਪਾਤਰੀਆਂ ਨੂੰ ਨਿਯਮਤ ਵਿੱਤੀ ਸਹਾਇਤਾ ਯਕੀਨੀ ਬਣਾ ਰਹੀ ਹੈ।

ਜਾਰੀ ਕੀਤੇ ਫੰਡਾਂ ਦਾ ਵੇਰਵਾ ਦਿੰਦਿਆਂ ਮੰਤਰੀ ਨੇ ਦੱਸਿਆ ਕਿ ਕੁੱਲ ਰਾਸ਼ੀ ਵਿੱਚੋਂ ਬੁਢਾਪਾ ਪੈਨਸ਼ਨ ਲਈ 1,048 ਕਰੋੜ ਰੁਪਏ ਤੋਂ ਵੱਧ ਦੀ ਰਕਮ ਸਿੱਧੇ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਟ੍ਰਾਂਸਫਰ ਕੀਤੀ ਗਈ ਹੈ। ਇਸੇ ਤਰ੍ਹਾਂ ਵਿਧਵਾਵਾਂ, ਬੇਸਹਾਰਾ ਔਰਤਾਂ, ਅਨਾਥ ਤੇ ਆਸ਼ਰਿਤ ਬੱਚਿਆਂ ਅਤੇ ਦਿਵਿਆਂਗ ਵਿਅਕਤੀਆਂ ਦੇ ਫਾਇਦੇ ਲਈ ਚੱਲ ਰਹੀਆਂ ਹੋਰ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ 535 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਡਾ. ਬਲਜੀਤ ਕੌਰ ਨੇ ਦੁਹਰਾਇਆ ਕਿ ਵਿਭਾਗ ਨੇ ਭਲਾਈ ਸਕੀਮਾਂ ਦੇ ਲਾਭ ਪਹੁੰਚਾਉਣ ਦੀ ਪ੍ਰਣਾਲੀ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਸੁਚਾਰੂ ਬਣਾ ਦਿੱਤਾ ਹੈ ਤਾਂ ਜੋ ਹਰ ਯੋਗ ਲਾਭਪਾਤਰੀ ਤੱਕ ਬਿਨਾਂ ਕਿਸੇ ਦੇਰੀ ਦੇ ਸਹਾਇਤਾ ਪਹੁੰਚ ਸਕੇ। ਇਹ ਕਦਮ ਇੱਕ ਸਮਾਜਿਕ ਤੌਰ ‘ਤੇ ਸੁਰੱਖਿਅਤ ਅਤੇ ਖੁਸ਼ਹਾਲ ਪੰਜਾਬ ਸਿਰਜਣ ਦੇ ਸਰਕਾਰ ਦੇ ਸੰਕਲਪ ਨੂੰ ਹੋਰ ਮਜ਼ਬੂਤ ਕਰਦਾ ਹੈ।

ਆਮ ਆਦਮੀ ਪਾਰਟੀ ਨੇ ਹਲਕਾ ਖਰੜ ਤੇ ਸੁਜਾਨਪੁਰ ਦੇ ਇੰਚਾਰਜ ਲਗਾਏ

ਚੰਡੀਗੜ੍ਹ, 29 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਆਮ ਆਦਮੀ ਪਾਰਟੀ ਵੱਲੋਂ ਹਲਕਾ ਖਰੜ ਤੋਂ ਸੰਗਠਨ ਇੰਚਾਰਜ ਲਗਾਇਆ ਗਿਆ ਹੈ। ਆਮ ਆਦਮੀ ਪਾਰਟੀ ਪੰਜਾਬ, ਹਲਕਾ ਖਰੜ ਤੋਂ ਗੁਰਸ਼ਰਨ ਸਿੰਘ ਤੇ ਹਲਕਾ ਸੁਜਾਨਪੁਰ ਤੋਂ ਡਾ. ਅਨਿਲ ਭਾਰਦਵਾਜ ਨੂੰ ਹਲਕਾ ਸੰਗਠਨ ਇੰਚਾਰਜ ਵਜੋਂ ਨਿਯੁਕਤ ਕੀਤਾ ਗਿਆ ਹੈ।

ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਮਾਰਚ 2022 ਤੋਂ ਮਈ 2026 ਤੱਕ 16,000 ਤੋਂ ਵੱਧ ਸ਼ਿਕਾਇਤਾਂ ਪ੍ਰਾਪਤ ਹੋਈਆਂ


ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਸ਼ਿਕਾਇਤ ਦਰਜ ਕਰਨ ਉਪਰੰਤ 368 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ
ਚੰਡੀਗੜ੍ਹ, 29 ਜੂਨ 2026:
ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਰਾਹੀਂ ਵੱਡੇ ਮੀਲ ਪੱਥਰ ਸਥਾਪਤ ਕੀਤੇ ਹਨ। ਸ਼ਾਸਨ ਪ੍ਰਣਾਲੀ ‘ਚੋਂ ਭ੍ਰਿਸ਼ਟਾਚਾਰ ਦਾ ਮੁਕੰਮਲ ਖਾਤਮਾ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ ਰਹੀ ਹੈ।
ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਨੰਬਰ 9501 200 200 ਦੀ ਸ਼ੁਰੂਆਤ 23 ਮਾਰਚ 2022 ਨੂੰ ਕੀਤੀ ਗਈ ਸੀ, ਇਹ ਪਹਿਲਕਦਮੀ ਨਾਗਰਿਕਾਂ ਨੂੰ ਅੱਗੇ ਆਉਣ ਅਤੇ ਪੰਜਾਬ ਭਰ ਦੇ ਸਰਕਾਰੀ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਨਿਡਰ ਹੋ ਕੇ ਰਿਪੋਰਟ ਕਰਨ ਲਈ ਉਤਸ਼ਾਹਿਤ ਕਰਦੀ ਹੈ।
ਇਸ ਸਬੰਧੀ ਅੱਜ ਇੱਥੇ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ 23-03-2022 ਤੋਂ 31-05-2026 ਤੱਕ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਆਡੀਓ-ਵੀਡੀਓ ਰਿਕਾਰਡਿੰਗਾਂ ਸਮੇਤ ਕੁੱਲ 16,950 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ। ਇਸ ਵਿੱਚੋਂ 10,951 ਸ਼ਿਕਾਇਤਾਂ ਦੂਜੇ ਵਿਭਾਗਾਂ ਨਾਲ ਸਬੰਧਤ ਹੋਣ ਕਰਕੇ ਇਹ ਸ਼ਿਕਾਇਤਾਂ ਯੋਗ ਕਾਰਵਾਈ ਲਈ ਸਬੰਧਤ ਵਿਭਾਗਾਂ ਨੂੰ ਭੇਜ ਦਿੱਤੀਆਂ ਗਈਆਂ ਸਨ।
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ 1445 ਸ਼ਿਕਾਇਤਾਂ ਵਿਜੀਲੈਂਸ ਬਿਊਰੋ ਨਾਲ ਸਬੰਧਤ ਸਨ, ਜੋ ਲੋੜੀਂਦੀ ਕਾਰਵਾਈ ਹਿੱਤ ਸਬੰਧਤ ਜ਼ਿਲ੍ਹਾ ਵਿਜੀਲੈਂਸ ਬਿਊਰੋ ਦੇ ਐਸ.ਐਸ.ਪੀਜ਼ ਨੂੰ ਭੇਜ ਦਿੱਤੀਆਂ ਗਈਆਂ ਸਨ। ਵਿਜੀਲੈਂਸ ਬਿਊਰੋ ਵੱਲੋਂ ਇਹਨਾਂ ਸ਼ਿਕਾਇਤਾਂ ਦੀ ਪੜਤਾਲ ਤੋਂ ਬਾਅਦ, ਹੁਣ ਤੱਕ ਦਰਜ ਕੀਤੀਆਂ ਗਈਆਂ 284 ਐਫ.ਆਈ.ਆਰਜ਼ ਵਿੱਚ 368 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।
ਵਿਜੀਲੈਂਸ ਬਿਊਰੋ ਨੇ ਜਨਤਾ ਨੂੰ ਅਪੀਲ ਕੀਤੀ ਹੈ ਕਿ ਉਹ ਸੂਬੇ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਰਿਸ਼ਵਤਖੋਰੀ ਮੁਕਤ ਬਣਾਉਣ ਲਈ ਇਸ ਪਲੇਟਫਾਰਮ ਦੀ ਵਰਤੋਂ ਕਰਨਾ ਜਾਰੀ ਰੱਖਣ।
ਇਹ ਪਹਿਲਕਦਮੀ ਜਨਤਾ ਲਈ ਰਿਸ਼ਵਤਖੋਰੀ ਦੀਆਂ ਸ਼ਿਕਾਇਤਾਂ ਦਰਜ ਕਰਵਾਉਣ ਵਾਸਤੇ ਇੱਕ ਉਪਭੋਗਤਾ-ਅਨੁਕੂਲ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਅਧਾਰਤ ਵਟਸਐਪ ਪਲੇਟਫਾਰਮ ਹੈ। ਨਾਗਰਿਕ ਇਸ ਪਲੇਟਫਾਰਮ ‘ਤੇ ਰਿਸ਼ਵਤ ਦੇ ਸਬੰਧ ਵਿੱਚ ਢੁਕਵੀਂ ਆਡੀਓ ਅਤੇ ਵੀਡੀਓ ਰਿਕਾਰਡਿੰਗ ਦੇ ਨਾਲ 24 ਘੰਟੇ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ। ਇਸ ਪਲੇਟਫਾਰਮ ‘ਤੇ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦਾ ਤੁਰੰਤ ਸਮੇਂ ਸਿਰ ਨਿਪਟਾਰਾ ਕੀਤਾ ਜਾਂਦਾ ਹੈ, ਜਿਸ ਨਾਲ ਆਮ ਜਨਤਾ ਨੂੰ ਖੱਜਲ-ਖੁਆਰੀ ਤੋਂ ਵੱਡੀ ਰਾਹਤ ਮਿਲੀ ਹੈ।

ਚੰਡੀਗੜ੍ਹ ਨਿਗਮ ਹਾਊਸ ‘ਚ ਜ਼ਬਰਦਸਤ ਹੰਗਾਮਾ, BJP ਪ੍ਰਧਾਨ ਖ਼ਿਲਾਫ਼ ਕਾਂਗਰਸ ਅਤੇ ‘ਆਪ’ ਦਾ ਹੱਲਾਬੋਲ

ਚੰਡੀਗੜ੍ਹ, 29 ਜੂਨ, ਪ੍ਰਾਈਮ ਏਸ਼ੀਆ ਅਤੇ ਨਿਊਜ਼ ਬਿਊਰੋ :

ਚੰਡੀਗੜ੍ਹ ਨਗਰ ਨਿਗਮ ਹਾਊਸ ਦੀ ਅੱਜ ਹੋਈ ਮੀਟਿੰਗ ਵਿੱਚ ਭਾਜਪਾ, ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿੱਚ ਤਿੱਖੀ ਬਹਿਸਬਾਜ਼ੀ ਹੋਈ। ਨਗਰ ਨਿਗਮ ਹਾਊਸ ਦੀ ਮੀਟਿੰਗ ਦੌਰਾਨ ਸਦਨ ਦੇ ਬਾਹਰ ਕਾਂਗਰਸ ਅਤੇ ਸਦਨ ਦੇ ਅੰਦਰ ਕਾਂਗਰਸ ਪਾਰਟੀ ਅਤੇ ਆਮ ਆਦਮੀ ਪਾਰਟੀ ਵਲੋਂ ਤਿੱਖਾ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ । ਸਦਨ ਵਿਚ ਕਾਂਗਰਸ ਪਾਰਟੀ ਅਤੇ ਆਮ ਆਦਮੀ ਪਾਰਟੀ ਦੇ ਕੌਂਸਲਰ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਵਲੋਂ ਵਰਤੀ ਗਈ ਸ਼ਬਦਾਵਲੀ ਦੇ ਵਿਰੌਧ ਵਿਚ ਨਾਅਰੇਬਾਜ਼ੀ ਕਰ ਰਹੇ ਹਨ। ਸਦਨ ਵਿਚ ਮੌਜੂਦ ਕਾਂਗਰਸ ਪਾਰਟੀ ਦੇ ਸਮੂਹ ਕੌਂਸਲਰ ਭਾਰਤੀ ਜਨਤਾ ਪਾਰਟੀ ਦੇ ਚੰਡੀਗੜ੍ਹ ਦੇ ਸੂਬਾ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਸਦਨ ਵਿਚਕਾਰ ਧਰਨੇ ਤੇ ਬੈਠੇ।
ਬੀਤੇ ਦਿਨੀਂ ਚੰਡੀਗੜ੍ਹ ਭਾਜਪਾ ਪ੍ਰਧਾਨ ਜਤਿੰਦਰਪਾਲ ਮਲਹੋਤਰਾ ਵੱਲੋਂ ਪੰਜਾਬੀ ਸਬੰਧੀ ਦਿੱਤੀ ਵਿਵਾਦਤ ਟਿੱਪਣੀ ਨੂੰ ਲੈ ਕੇ ਜ਼ਬਰਦਸਤ ਹੰਗਾਮਾ ਦੇਖਣ ਨੂੰ ਮਿਲਿਆ। ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਕੌਂਸਲਰ ਹੱਥਾਂ ਵਿੱਚ ਤਖ਼ਤੀਆਂ ਲੈ ਕੇ ਸਦਨ ਦੇ ਵਿਚਕਾਰ ਪਹੁੰਚ ਗਏ ਅਤੇ ਭਾਜਪਾ ਪ੍ਰਧਾਨ ਨੂੰ ਗੁਰਦੁਆਰਾ ਸਾਹਿਬ ਵਿੱਚ ਜਾ ਕੇ ਇਸ ਟਿੱਪਣੀ ਲਈ ਮੁਆਫ਼ੀ ਮੰਗਣ ਦੀ ਮੰਗ ਕਰਨ ਲੱਗੇ। ਇਸੇ ਦੌਰਾਨ ਮਾਹੌਲ ਉਸ ਵੇਲੇ ਹੋਰ ਖ਼ਰਾਬ ਹੋ ਗਿਆ ਜਦੋਂ ਇੱਕ ਭਾਜਪਾ ਕੌਂਸਲਰ ਨੇ ਸਦਨ ਦੇ ਅੰਦਰ ਹੀ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਵਿਰੁੱਧ ਇਤਰਾਜ਼ਯੋਗ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਜਿਵੇਂ ਹੀ ਅਨਿਲ ਮਸੀਹ ਨੇ ਬੋਲਣਾ ਸ਼ੁਰੂ ਕੀਤਾ, ਤਾਂ ਪੁਰਾਣੇ ਮੇਅਰ ਚੋਣ ਵਿਵਾਦ ਦੀਆਂ ਯਾਦਾਂ ਤਾਜ਼ਾ ਹੋ ਗਈਆਂ। ਕਾਂਗਰਸ ਅਤੇ ‘ਆਪ’ ਦੇ ਕੌਂਸਲਰਾਂ ਨੇ ਇਕਜੁੱਟ ਹੋ ਕੇ ਅਨਿਲ ਮਸੀਹ ਨੂੰ ‘ਵੋਟ ਚੋਰ’ ਕਹਿਣਾ ਸ਼ੁਰੂ ਕਰ ਦਿੱਤਾ। ਇੰਨਾ ਹੀ ਨਹੀਂ, ਵਿਰੋਧੀ ਕੌਂਸਲਰਾਂ ਨੇ ਹੱਥਾਂ ਦੀਆਂ ਉਂਗਲਾਂ ਦੇ ਇਸ਼ਾਰਿਆਂ ਨਾਲ ‘8 ਵੋਟਾਂ’ ਦੀ ਚੋਰੀ ਦਾ ਹਵਾਲਾ ਦੇ ਕੇ ਮਸੀਹ ਨੂੰ ਜੰਮ ਕੇ ਘੇਰਿਆ।

‘ਸਤਿਕਾਰ ਐਕਟ-2026’ ‘ਤੇ ਸ੍ਰੀ ਅਕਾਲ ਤਖ਼ਤ ਦਾ ਵੱਡਾ ਹੁਕਮ, ਇੱਕ ਮਹੀਨੇ ਦਾ ਅਲਟੀਮੇਟਮ, ਇਤਰਾਜ਼ ਕਰੋ ਦੂਰ

ਚੰਡੀਗੜ੍ਹ, 29 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ‘ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026’ ਸੰਬੰਧੀ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇੱਕ ਮਹੱਤਵਪੂਰਨ ਧਾਰਮਿਕ ਸੁਣਵਾਈ ਹੋਈ। ਅਕਾਲ ਤਖ਼ਤ ਦੇ ਨਿਰਦੇਸ਼ਾਂ ਤੋਂ ਬਾਅਦ, ਪੰਜਾਬ ਸਰਕਾਰ ਦੇ ਸਾਰੇ ਸਿੱਖ ਮੰਤਰੀ ਅਤੇ ਵਿਧਾਇਕ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ ਅਤੇ ਪੰਜ ਸਿੰਘ ਸਾਹਿਬਾਨ ਦੇ ਸਾਹਮਣੇ ਪੇਸ਼ ਹੋਏ। ਉਹ ਲਿਖਤੀ ਸਪੱਸ਼ਟੀਕਰਨ ਵੀ ਲੈ ਕੇ ਆਏ, ਜੋ ਕਾਰਵਾਈ ਦੌਰਾਨ ਪੇਸ਼ ਕੀਤੇ ਗਏ ਸਨ।

‘ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026’ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਵੱਡਾ ਹੁਕਮ ਦਿਤਾ ਗਿਆ। ਐਕਟ ਵਿੱਚ ਇੰਤਰਾਜ਼ ਦੂਰ ਕਰਨ ਵਾਸਤੇ ਸਰਕਾਰ ਨੂੰ ਇਕ ਮਹੀਨੇ ਵਿੱਚ ਦੂਰ ਕਰਨ ਦਾ ਅਲਟੀਮੇਟਮ ਦਿੱਤਾ ਗਿਆ ਹੈ। ਸਤਿਕਾਰ ਐਕਟ ’ਤੇ ਤੁਰੰਤ ਰੋਕ ਲਾਉਣ ਦੇ ਆਦੇਸ਼ ਦਿੱਤੇ ਗਏ।

 ਜ਼ਿਕਰਯੋਗ ਹੈ ਕਿ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਮੰਤਰੀ ਅਤੇ ਵਿਧਾਇਕ ਹੀ ਨਹੀਂ ਬਲਕਿ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਆਜ਼ਾਦ ਵਿਧਾਇਕ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ। ਧਾਰਮਿਕ ਅਤੇ ਰਾਜਨੀਤਿਕ ਦੋਵੇਂ ਤਰ੍ਹਾਂ ਦੇ ਹਲਕੇ ਇਸ ਪੂਰੇ ਘਟਨਾਕ੍ਰਮ ‘ਤੇ ਨਜ਼ਰ ਰੱਖ ਰਹੇ ਹਨ। ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ‘ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026’ ‘ਤੇ ਵਿਚਾਰ-ਵਟਾਂਦਰਾ ਸ਼ੁਰੂ ਕਰਨ ਤੋਂ ਪਹਿਲਾਂ, ਪੰਜ ਸਿੰਘ ਸਾਹਿਬਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਗੁਰੂ ਸਾਹਿਬ ਦੀ ਹਜ਼ੂਰੀ ਵਿੱਚ ਅਰਦਾਸ ਕੀਤੀ। ਅਰਦਾਸ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ, ਸਿੰਘ ਸਾਹਿਬ ਗਿਆਨੀ ਕੇਵਲ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਪਿਆਰੇ ਗਿਆਨੀ ਮੰਗਲ ਸਿੰਘ ਹਾਜ਼ਰ ਹਨ।  ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕੈਬਨਿਟ ਅਤੇ ਸਪੀਕਰ ਨੂੰ ਇੱਕ ਮਹੀਨੇ ਦੇ ਅੰਦਰ ਕਾਨੂੰਨ ਦੀਆਂ ਧਾਰਾਵਾਂ ਵਿੱਚ ਸੋਧ ਕਰਨ ਦੇ ਹੁਕਮ ਦਿੱਤੇ ਹਨ।

 Amritpal ਕਿਸ ਹਲਕੇ ਤੋਂ ਲੜੂ ?, Mann ਜਾਂ Sukhbir ਖਿਲਾਫ਼, MLA ਅਕਾਲ ਤਖ਼ਤ ‘ਤੇ ਪੇਸ਼
ਸਾਰੇ ਜਹਾਂ ਸੇ ਅੱਛਾ ਹਿੰਦੁਸਤਾਨ ਓਨਾ ਅੱਛਾ ਫਿਰ ਰਿਹਾ ਕਿਉਂ ਨਹੀਂ

ਪੰਜਾਬ

ਦੇਸ਼