Breaking News
ਨਸ਼ਾ ਤਸਕਰੀ ਨਾਲ ਸਬੰਧਤ ਨੈੱਟਵਰਕ ਦੇ ਤਿੰਨ ਕਾਰਕੁੰਨ 6 ਕਿਲੋ ਹੈਰੋਇਨ ਅਤੇ 6 ਕਿਲੋ ਆਈਸੀਈ ਸਮੇਤ ਅੰਮ੍ਰਿਤਸਰ ਤੋਂ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 23 ਫਰਵਰੀ :

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਨਸ਼ਾ ਤਸਕਰੀ ਨਾਲ ਜੁੜੇ ਮਾਡਿਊਲ ਦੇ ਤਿੰਨ ਕਾਰਕੁਨਾਂ ਨੂੰ 6 ਕਿਲੋ ਹੈਰੋਇਨ ਅਤੇ 6 ਕਿਲੋ ਆਈਸੀਈ (ਕ੍ਰਿਸਟਲ ਮੇਥਾਮਫੇਟਾਮਾਈਨ) ਬਰਾਮਦ ਕਰਕੇ, ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਫਿਰੋਜ਼ਪੁਰ ਦੇ ਪਿੰਡ ਸੁਰਸਿੰਘ ਵਾਲਾ ਦੇ ਵਸਨੀਕ ਪ੍ਰਤਾਪ ਸਿੰਘ, ਅੰਮ੍ਰਿਤਸਰ ਦੇ ਪਿੰਡ ਕੋਹਾਲਾ ਦੇ ਵਸਨੀਕ ਅਜੈਪਾਲ ਸਿੰਘ ਅਤੇ ਅੰਮ੍ਰਿਤਸਰ ਦੇ ਪਿੰਡ ਖਿਆਲਾ ਕਲਾਂ ਦੇ ਵਸਨੀਕ ਜੋਬਨਦੀਪ ਸਿੰਘ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਨਸ਼ੀਲੇ ਪਦਾਰਥਾਂ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ ਦੋਸ਼ੀਆਂ ਦਾ ਕਾਲੇ ਰੰਗ ਦਾ ਸਪਲੈਂਡਰ ਮੋਟਰਸਾਈਕਲ (ਪੀਬੀ 02ਐਫ.ਈ. 1185) ਅਤੇ ਚਿੱਟੇ ਰੰਗ ਦੀ ਐਕਟਿਵਾ (ਪੀਬੀ02 ਈਟੀ 8995) ਵੀ ਜ਼ਬਤ ਕਰ ਲਿਆ ਹੈ, ਜੋ ਖੇਪ ਦੀ ਢੋਆ-ਢੁਆਈ ਲਈ ਵਰਤੇ ਜਾ ਰਹੇ ਸਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ, ਪ੍ਰਤਾਪ ਸਿੰਘ ਅਤੇ ਅਜੈਪਾਲ ਸਿੰਘ ਪਾਕਿਸਤਾਨੀ ਤਸਕਰ ਦੇ ਸਿੱਧੇ ਸੰਪਰਕ ਵਿੱਚ ਸਨ।

ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਅੰਮ੍ਰਿਤਸਰ ਦੇ ਪਿੰਡਾਂ ਅਟਲਗੜ੍ਹ ਅਤੇ ਰਤਨ ਦੇ ਵਾੜ ਵਾਲੇ ਖੇਤਰ ਤੋਂ ਡਰੋਨ ਰਾਹੀਂ ਸਰਹੱਦ ਪਾਰੋਂ ਤਸਕਰੀ ਕੀਤੀਆਂ ਖੇਪਾਂ ਪ੍ਰਾਪਤ ਕਰ ਰਹੇ ਸਨ ਅਤੇ ਉਨ੍ਹਾਂ ਨੂੰ ਸੂਬੇ ਵਿੱਚ ਅੱਗੇ ਹੋਰਨਾਂ ਨੂੰ ਇਹ ਨਸ਼ੀਲੇ ਪਦਾਰਥ ਸਪਲਾਈ ਕਰਨ ਦਾ ਕੰਮ ਸੌਂਪਿਆ ਗਿਆ ਸੀ।

ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਕਿਹਾ ਕਿ ਸੀਆਈ ਅੰਮ੍ਰਿਤਸਰ ਨੂੰ ਪੁਖ਼ਤਾ ਖੁਫੀਆ ਜਾਣਕਾਰੀ ਮਿਲੀ ਸੀ ਕਿ ਪ੍ਰਤਾਪ ਸਿੰਘ ਅਤੇ ਅਜੈਪਾਲ ਸਿੰਘ ਨੂੰ ਹਾਲ ਹੀ ਵਿੱਚ ਡਰੋਨ ਰਾਹੀਂ ਨਸ਼ੀਲੇ ਪਦਾਰਥਾਂ ਦੀ ਇੱਕ ਵੱਡੀ ਖੇਪ ਮਿਲੀ ਹੈ ਅਤੇ ਉਹ ਇਸ ਖੇਪ ਨੂੰ ਪਿੰਡ ਪਧਰੀ ਵਿਖੇ ਸ਼ਮਸ਼ਾਨ ਘਾਟ ਦੀ ਪਾਣੀ ਵਾਲੀ ਟੈਂਕੀ ਨੇੜੇ ਆਪਣੇ ਸਾਥੀ ਜੋਬਨਦੀਪ ਸਿੰਘ ਤੱਕ ਪਹੁੰਚਾਉਣ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦਿਆਂ ਸੀ.ਆਈ. ਅੰਮ੍ਰਿਤਸਰ ਦੀ ਪੁਲਿਸ ਟੀਮ ਨੇ ਉਸ ਥਾਂ ’ਤੇ ਛਾਪਾ ਮਾਰਿਆ ਅਤੇ ਤਿੰਨਾਂ ਸ਼ੱਕੀਆਂ ਨੂੰ 6 ਕਿਲੋ ਹੈਰੋਇਨ ਅਤੇ 6 ਕਿਲੋ ਆਈਸੀਈ ਸਮੇਤ ਗ੍ਰਿਫ਼ਤਾਰ ਕੀਤਾ।

ਡੀਜੀਪੀ ਨੇ ਕਿਹਾ ਕਿ ਮਾਮਲੇ ਵਿੱਚ ਪੂਰੇ ਗਿਰੋਹ ਦਾ ਪਰਦਾਫਾਸ਼ ਕਰਨ ਲਈ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਅਤੇ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਉਮੀਦ ਹੈ।

ਇਸ ਸਬੰਧ ਵਿੱਚ ਐਫਆਈਆਰ ਨੰਬਰ 10 ਮਿਤੀ 23.02.2026 ਨੂੰ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21, 22, 25 ਅਤੇ 29 ਤਹਿਤ ਕੇਸ ਦਰਜ ਕੀਤਾ ਗਿਆ ਹੈ।

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਦੇ ਕਾਰਜਕਾਲ ਵਿੱਚ ਵਾਧਾ

ਐਸ.ਏ.ਐਸ. ਨਗਰ (ਮੋਹਾਲੀ), 23 ਫਰਵਰੀ 2026 :

ਪੰਜਾਬ ਸਰਕਾਰ ਵੱਲੋਂ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੇ ਕਾਰਜਕਾਲ ਵਿੱਚ ਵਾਧਾ ਕੀਤਾ ਗਿਆ ਹੈ। ਇਸ ਫੈਸਲੇ ਨਾਲ ਹਰ ਵਰਗ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਕਾਰਜਕਾਲ ਵਿੱਚ ਵਾਧਾ ਹੋਣ ਤੋਂ ਬਾਅਦ ਸ. ਹਰਚੰਦ ਸਿੰਘ ਬਰਸਟ ਅੱਜ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਪਹੁੰਚੇ, ਜਿੱਥੇ ਸਮੂੰਹ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ ਅਤੇ ਫੁੱਲਾਂ ਦੇ ਗੁਲਦਸਤਿਆਂ ਨਾਲ ਉਨ੍ਹਾਂ ਨੂੰ ਵਧਾਈ ਦਿੱਤੀ ਗਈ। ਇਸ ਮੌਕੇ ਪੰਜਾਬ ਮੰਡੀ ਬੋਰਡ ਦੇ ਦਫ਼ਤਰ ਦਾ ਮਾਹੌਲ ਖੁਸ਼ੀ ਅਤੇ ਉਤਸ਼ਾਹ ਨਾਲ ਭਰਪੂਰ ਰਿਹਾ।

ਇਸ ਦੌਰਾਨ ਆਪਣੇ ਸੰਬੋਧਨ ਵਿੱਚ ਚੇਅਰਮੈਨ ਸ. ਬਰਸਟ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ, ਪੰਜਾਬ ਪ੍ਰਭਾਰੀ ਸ੍ਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਸ੍ਰੀ ਅਮਨ ਅਰੋੜਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੌਂਪੀ ਗਈ ਜਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਹੋਰ ਵੱਧ ਜੋਸ਼ ਅਤੇ ਜ਼ਿੰਮੇਵਾਰੀ ਨਾਲ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਅਤੇ ਮੁਲਾਜਮਾਂ ਦੇ ਹਿੱਤ ਵਿੱਚ ਕੰਮ ਕਰਦੇ ਰਹਿਣਗੇ। ਉਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁਚੱਜੇ ਪ੍ਰਬੰਧਾਂ ਅਤੇ ਸਹੂਲਤਾਂ ਦੇ ਵਿਸਥਾਰ ਲਈ ਹੋਰ ਜਿਆਦਾ ਜੋਸ਼ ਨਾਲ ਯਤਨ ਕਰਨ।ਚੇਅਰਮੈਨ ਨੇ ਖਾਸ ਤੌਰ ‘ਤੇ ਪੰਜਾਬ ਮੰਡੀ ਬੋਰਡ ਦੀ ਆਮਦਨ ਵਿੱਚ ਵਾਧਾ ਕਰਨ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਆਧੁਨਿਕ ਤਕਨੀਕਾਂ ਦੇ ਇਸਤੇਮਾਲ ਅਤੇ ਡਿਜੀਟਲ ਪ੍ਰਣਾਲੀਆਂ ਦੇ ਵਿਸਥਾਰ ਨਾਲ ਬੋਰਡ ਦੀ ਕਾਰਗੁਜ਼ਾਰੀ ਨੂੰ ਹੋਰ ਮਜ਼ਬੂਤ ਬਣਾਇਆ ਜਾਵੇਗਾ। ਇਸ ਦੇ ਨਾਲ-ਨਾਲ ਸੂਬੇ ਦੀਆਂ ਮੰਡੀਆਂ ਦੇ ਵਿਕਾਸ ਲਈ ਢਾਂਚਾਗਤ ਸੁਧਾਰ, ਸਫਾਈ ਪ੍ਰਬੰਧ ਅਤੇ ਬੁਨਿਆਦੀ ਸਹੂਲਤਾਂ ਨੂੰ ਅਪਗ੍ਰੇਡ ਕਰਨ ਲਈ ਵੀ ਵਿਸ਼ੇਸ਼ ਯੋਜਨਾਵਾਂ ਤਹਿਤ ਕੰਮ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਦੀ ਖੇਤਾਬਾੜੀ ਪ੍ਰਣਾਲੀ ਵਿੱਚ ਮੰਡੀਆਂ ਦੀ ਕੇਂਦਰੀ ਭੂਮਿਕਾ ਹੈ ਅਤੇ ਮੰਡੀਆਂ ਸਿਰਫ਼ ਖਰੀਦ-ਫਰੋਖ਼ਤ ਦਾ ਕੇਂਦਰ ਨਹੀਂ, ਸਗੋਂ ਕਿਸਾਨਾਂ ਦੀ ਆਰਥਿਕ ਮਜ਼ਬੂਤੀ ਦਾ ਆਧਾਰ ਹਨ ਅਤੇ ਇਸ ਭੂਮਿਕਾ ਨੂੰ ਹੋਰ ਮਜਬੂਤ ਬਣਾਉਣਾ ਹੀ ਉਨ੍ਹਾਂ ਦਾ ਮੁੱਖ ਲਕਸ਼ ਹੈ। ਸ. ਬਰਸਟ ਨੇ ਵਿਸ਼ਵਾਸ ਜਤਾਇਆ ਕਿ ਸਾਰਿਆਂ ਦੇ ਸਾਂਝੇ ਯਤਨਾਂ ਨਾਲ ਪੰਜਾਬ ਮੰਡੀ ਬੋਰਡ ਨਵੀਆਂ ਉਚਾਈਆਂ ਹਾਸਲ ਕਰੇਗਾ। ਇਸ ਮੌਕੇ ਤੇ ਸ੍ਰੀ ਕੁਮਾਰ ਅਮਿਤ ਆਈ.ਏ.ਐਸ. ਸਕੱਤਰ ਪੰਜਾਬ ਮੰਡੀ ਬੋਰਡ, ਸ. ਜਤਿੰਦਰ ਸਿੰਘ ਭੰਗੂ ਇੰਜੀਨਿਅਰ ਇਨ ਚੀਫ਼, ਸ. ਹਰਜੀਤ ਸਿੰਘ ਸੰਧੂ ਪੀ.ਸੀ.ਐਸ. ਸੰਯੁਕਤ ਸਕੱਤਰ ਸਮੇਤ ਸਮੂੰਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਸ. ਹਰਚੰਦ ਸਿੰਘ ਬਰਸਟ ਦਾ ਸਵਾਗਤ ਕੀਤਾ। ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸ. ਬਰਸਟ ਦੀ ਅਗਵਾਈ ਵਿੱਚ ਕਿਸਾਨਾਂ, ਮਜਦੂਰਾਂ, ਆੜ੍ਹਤੀਆਂ ਅਤੇ ਮੁਲਾਜਮਾਂ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਬਾਰੇ ਵਿਸਥਾਰ ਨਾਲ ਦੱਸਿਆ ਅਤੇ ਵਿਸ਼ਵਾਸ ਦਵਾਇਆ ਕਿ ਸਮੂੰਹ ਅਧਿਕਾਰੀ ਅਤੇ ਕਰਮਚਾਰੀ ਆਪਣੀ ਜਿੰਮੇਵਾਰੀਆਂ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ।

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ’ਚ ਲਏ ਵੱਡੇ ਫੈਸਲੇ

ਚੰਡੀਗੜ੍ਹ, 23 ਫਰਵਰੀ :

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ। ਇਹ ਮੀਟਿੰਗ ਮੁੱਖ ਮੰਤਰੀ ਦੀ ਰਿਹਾਇਸ਼ ਉਤੇ ਹੋਈ। ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰੈਸ ਕਾਨਫਰੰਸ ਕਰਕੇ ਫੈਸਲਿਆਂ ਬਾਰੇ ਦੱਸਿਆ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੀ ਆਰਥਿਕਤਾ ਨੂੰ ਲੈ ਕੇ ਮੰਤਰੀ ਮੰਡਲ ਦੀ ਮੀਟਿੰਗ ਵਿਚ ਵੱਡੇ ਫੈਸਲੇ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ PSIEC ’ਚ OTS ਸਕੀਮ ਦੀ ਜੂਨ 2026 ਤੱਕ ਵਧਾਈ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਾਲਾਨਾ ਬਜਟ ਸੈਸ਼ਨ 6 ਮਾਰਚ ਤੋਂ 16 ਮਾਰਚ ਤੱਕ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਹੋਵੇਗਾ। 6 ਮਾਰਚ ਨੂੰ ਪੰਜਾਬ ਦੇ ਰਾਜਪਾਲ ਭਾਸ਼ਣ ਦੇਣਗੇ। 7 ਮਾਰਚ ਨੂੰ ਛੁੱਟੀ ਹੋਵੇਗੀ। 8 ਮਾਰਚ ਐਤਵਾਰ ਨੂੰ ਬਜਟ ਪੇਸ਼ ਕੀਤਾ ਜਾਵੇਗਾ। ਮਹਿਲਾ ਦਿਵਸ ਵਾਲੇ ਦਿਨ ਇਹ ਬਜਟ ਪੇਸ਼ ਕੀਤਾ ਜਾਵੇਗਾ। 9 ਮਾਰਚ ਨੂੰ ਰਾਜਪਾਲ ਦੇ ਭਾਸ਼ਣ ਉਤੇ ਬਹਿਸ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਅੱਜ ਕੈਬਨਿਟ ਮੀਟਿੰਗ ਵਿਚ ਪੰਜਾਬ ਦੀ ਆਬਕਾਰੀ ਨੀਤੀ ਨੂੰ ਮਨਜ਼ੂਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਨਵੀਂ ਆਬਕਾਰੀ ਨੀਤੀ ਨਾਲ 50 ਫੀਸਦੀ ਤੋਂ ਵੱਧ ਦਾ ਇਜ਼ਾਫ਼ਾ ਮਿਲਿਆ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਿਛਲੇ ਸਾਲ ਦੇ ਮਾਲੀਆ ਦਾ ਟੀਚਾ ਅਸੀਂ ਹਾਸਲ ਕਰ ਲਿਆ, ਹੁਣ 2026-27 ਦਾ 12,800 ਕਰੋੜ ਦਾ ਮਾਲੀਆ ਵਧਾਉਣ ਦਾ ਟੀਚਾ ਹੈ।

ਸੁਪਰੀਮ ਕੋਰਟ ’ਚ ਨਿਕਲੀਆਂ ਅਸਾਮੀਆਂ

ਨਵੀਂ ਦਿੱਲੀ, 23 ਫਰਵਰੀ :

ਸਰਕਾਰੀ ਨੌਕਰੀਆਂ ਦੀ ਤਿਆਰੀ ਕਰ ਰਹੇ ਨੌਜਵਾਨਾਂ ਲਈ ਇਹ ਚੰਗੀ ਖਬਰ ਸਾਹਮਣੇ ਆਈ ਹੈ ਕਿ ਸੁਪਰੀਮ ਕੋਰਟ ਵਿਚ ਅਸਾਮੀਆਂ ਨਿਕਲੀਆਂ ਹਨ। ਸੁਪਰੀਮ ਕੋਰਟ ਵੱਲੋਂ ਵੱਖ ਵੱਖ ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਹੈ। 23 ਫਰਵਰੀ ਤੋਂ ਇਨ੍ਹਾਂ ਅਸਾਮੀਆਂ ਲਈ ਫਾਰਮ ਭਰ ਸਕਦੇ ਹਨ। 8 ਮਾਰਚ 2026 ਆਖਰੀ ਮਿਤੀ ਹੋਵੇਗੀ। ਯੋਗ ਉਮੀਦਵਾਰ ਸੁਪਰੀਮ ਕੋਰਟ ਦੀ ਵੈਬਸਾਈਟ ਉਤੇ ਜਾ ਕੇ ਅਪਲਾਈ ਕਰ ਸਕਦੇ ਹਨ।

ਅਸਾਮੀਆਂ ਬਾਰੇ ਵਿਸਥਾਰ ਨਾਲ ਪੜ੍ਹਨ ਲਈ ਇੱਥੇ ਕਲਿੱਕ ਕਰੋ

6 ਮਾਰਚ ਤੋਂ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ

ਚੰਡੀਗੜ੍ਹ, 23 ਫਰਵਰੀ :

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿਚ ਬਜਟ ਬੁਲਾਏ ਜਾਣ ਨੂੰ ਲੈ ਕੇ ਵੱਡਾ ਫੈਸਲਾ ਕੀਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ 6 ਮਾਰਚ ਤੋਂ 16 ਮਾਰਚ ਤੱਕ ਬਜਟ ਸੈਸ਼ਨ ਬੁਲਾਇਆ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮਹਿਲਾ ਦਿਵਸ਼ ਵਾਲੇ ਦਿਨ 8 ਮਾਰਚ ਨੂੰ ਬਜਟ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਬਜਟ ਵਿਚ ਹਰ ਵਰਗ ਦਾ ਧਿਆਨ ਰੱਖਿਆ ਜਾਵੇਗਾ।

ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ

ਚੰਡੀਗੜ੍ਹ, 23 ਫਰਵਰੀ :

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ। ਇਹ ਮੀਟਿੰਗ ਮੁੱਖ ਮੰਤਰੀ ਦੀ ਰਿਹਾਇਸ਼ ਉਤੇ ਹੋਈ। ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ‘ਮੇਰੀ ਰਸੋਈ’ ਯੋਜਨਾ ਸ਼ੁਰੂ ਕੀਤੀ ਜਾ ਰਹੀ ਹੈ। ਇਸ ਯੋਜਨਾ ਦਾ ਪੰਜਾਬ ਦੇ 40 ਲੱਖ ਪਰਿਵਾਰਾਂ ਨੂੰ ਲਾਭ ਹੋਵੇਗਾ। ਉਨ੍ਹਾਂ ਦੱਸਿਆ ਕਿ ਨੀਲੇ ਕਾਰਡ ਧਾਰਕ ਇਸ ਫੂਡ ਕਿੱਟ ਦਾ ਲਾਭ ਲੈ ਸਕਣਗੇ। ਇਕ ਮਹੀਨੇ ਵਿਚ 2 ਕਿਲੋ ਖੰਡ, ਕਣਕ ਦੇ ਨਾਲ 2 ਕਿਲੋ ਮਾਂਹ ਛੋਲਿਆਂ ਦੀ ਦਾਲ, 2 ਕਿਲੋ ਖੰਡ, ਇਕ ਕਿਲੋ ਲੂਣ, 1 ਲੀਟਰ ਸਰ੍ਹੋਂ ਦਾ ਤੇਲ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਕ ਵਾਰ ਵਿੱਚ ਤਿੰਨ ਮਹੀਨਿਆਂ ਦਾ ਸਾਮਾਨ ਦਿੱਤਾ ਜਾਵੇਗਾ।

ਟਾਟਾ ਗਰੁੱਪ ਦੇ ਵਫ਼ਦ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 23 ਫਰਵਰੀ :

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਅੱਜ ਟਾਟਾ ਗਰੁੱਪ ਦੇ ਵਫ਼ਦ ਨੇ ਮੁਲਾਕਾਤ ਕੀਤੀ। ਇਹ ਮੁਲਾਕਾਤ ਚੰਡੀਗੜ੍ਹ ਵਿਖੇ ਹੋਏ। ਮੁਲਾਕਾਤ ਦੌਰਾਨ ਵਫ਼ਦ ਨੇ ਲੁਧਿਆਣਾ ਵਿਖੇ ਉਸਾਰੇ ਜਾ ਰਹੇ ਸਟੀਲ ਪਲਾਂਟ ਉਤੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਚਰਚਾ ਕੀਤੀ। ਇਸ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਟਾਟਾ ਸਮੂਹ ਨੂੰ ਮੋਹਾਲੀ ਵਿਖੇ ਹੋ ਰਹੇ ਨਿਵੇਸ਼ ਸਮਿਟ ਵਿਚ ਸ਼ਿਰਕਤ ਕਰਨ ਲਈ ਵੀ ਸੱਦਾ ਦਿੱਤਾ।

ਗੁਰਦਾਸਪੁਰ ’ਚ ਕਤਲ ਕੀਤੇ ਗਏ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਲਈ CM ਮਾਨ ਦਾ ਵੱਡਾ ਐਲਾਨ

ਚੰਡੀਗੜ੍ਹ, 23 ਫਰਵਰੀ :

ਬੀਤੇ ਦਿਨੀਂ ਗੁਰਦਾਸਪੁਰ ਵਿਚ ਕਤਲ ਕੀਤੇ ਗਏ ਦੋ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਉਤੇ ਕਿਹਾ ਕਿ ਸ਼ਹੀਦ ਏ.ਐੱਸ.ਆਈ. ਗੁਰਨਾਮ ਸਿੰਘ ਅਤੇ ਪੀ.ਐੱਚ.ਜੀ. ਅਸ਼ੋਕ ਕੁਮਾਰ ਦੀ ਬਹਾਦਰੀ ਅਤੇ ਸਰਵੋਚ ਕੁਰਬਾਨੀ ਨੂੰ ਸਲਾਮ, ਜਿਨ੍ਹਾਂ ਨੇ ਡਿਊਟੀ ਦੌਰਾਨ ਆਪਣੀਆਂ ਜਾਨਾਂ ਵਾਰ ਦਿੱਤੀਆਂ। ਪੰਜਾਬ ਸਰਕਾਰ ਉਨ੍ਹਾਂ ਦੇ ਪਰਿਵਾਰਾਂ ਨੂੰ 1-1 ਕਰੋੜ ਰੁਪਏ ਦੀ ਐਕਸਗ੍ਰੇਸ਼ੀਆ ਰਾਸ਼ੀ ਪ੍ਰਦਾਨ ਕਰੇਗੀ, ਜਦੋਂ ਕਿ ਐੱਚ.ਡੀ.ਐੱਫ.ਸੀ. ਬੈਂਕ ਵੱਲੋਂ 1-1 ਕਰੋੜ ਰੁਪਏ ਦੀ ਵਾਧੂ ਬੀਮਾ ਰਾਸ਼ੀ ਦਿੱਤੀ ਜਾਵੇਗੀ।

ਅਸੀਂ ਆਪਣੇ ਸ਼ਹੀਦਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਮਜ਼ਬੂਤੀ ਨਾਲ ਖੜ੍ਹੇ ਹਾਂ। ਉਨ੍ਹਾਂ ਦੀ ਕੁਰਬਾਨੀ ਸਾਨੂੰ ਸਾਰਿਆਂ ਨੂੰ ਸਨਮਾਨ ਅਤੇ ਬਹਾਦਰੀ ਨਾਲ ਡਿਊਟੀ ਨਿਭਾਉਣ ਲਈ ਪ੍ਰੇਰਿਤ ਕਰਦੀ ਹੈ।

ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਗੁਰਦਾਸਪੁਰ ਦੇ ਆਦੀਆਂ ਪਿੰਡ ‘ਚ 2 ਪੁਲਿਸ ਮੁਲਾਜ਼ਮਾਂ ਦਾ ਕਤਲ ਕਰ ਦਿੱਤਾ ਗਿਆ ਸੀ। ASI ਗੁਰਨਾਮ ਸਿੰਘ ਅਤੇ ਹੋਮ ਗਾਰਡ ਅਸ਼ੋਕ ਕੁਮਾਰ ਦੀਆਂ ਲਾਸ਼ਾ ਇੱਕੋ ਕਮਰੇ ’ਚੋਂ ਬਰਾਮਦ ਹੋਈਆਂ ਸਨ। ਪੁਲਿਸ ਵੱਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

ਮਹਿੰਗਾ ਹੋਇਆ ਸੋਨਾ ਤੇ ਚਾਂਦੀ

ਨਵੀਂ ਦਿੱਲੀ, 23 ਫਰਵਰੀ :

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿਚ ਰੋਜ਼ਾਨਾ ਫੇਰ ਬਦਲ ਹੁੰਦਾ ਰਹਿੰਦਾ ਹੈ। ਅੱਜ 23 ਫਰਵਰੀ ਦੀ ਸਵੇਰ ਨੂੰ ਸੋਨੇ ਨੇ ਸੋਨੇ ਤੇ ਚਾਂਦੀ ਨੇ ਵੱਡੀ ਉਛਾਲ ਮਾਰੀ ਹੈ। ਅੱਜ ਸੋਨੇ ਦੀਆਂ ਕੀਮਤਾਂ ਵਿਚ ਭਾਰੀ ਵਾਧਾ ਹੋਇਆ। ਚਾਂਦੀ ਦੇ ਭਾਅ ਵਿਚ 6 ਫੀਸਦੀ ਕਰੀਬ 15176 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵਾਧਾ ਹੋਇਆ ਹੈ। ਸੋਨੇ ਦੀਆਂ ਕੀਮਤਾਂ ਵਿਚ 1.93 ਫੀਸਦੀ ਵਾਧੇ ਨਾਲ ਕਰੀਬ 3023 ਰੁਪਏ ਪ੍ਰਤੀ 10 ਗ੍ਰਾਮ ਵਾਧਾ ਹੋਇਆ ਹੈ। ਚਾਂਦੀ ਦਾ ਭਾਅ 2,68,120 ਰੁਪਏ ਪ੍ਰਤੀ ਕਿਲੋ ਅਤੇ ਸੋਨੇ ਦਾ ਭਾਅ 1,59,899 ਰੁਪਏ ਪ੍ਰਤੀ 10 ਗ੍ਰਾਮ ਉਤੇ ਪਹੁੰਚ ਗਿਆ ਹੈ।

ਗਿਆਨੀ ਹਰਪ੍ਰੀਤ ਸਿੰਘ ਤੇ ਗਿਆਨੀ ਰਘਬੀਰ ਸਿੰਘ ਦੀਆਂ ਜਾਇਦਾਦਾਂ ਦੀ ਜਾਂਚ ਦੀ ਮੰਗ ਉੱਠਣ ਲੱਗੀ

ਅੰਮ੍ਰਿਤਸਰ, 23 ਫਰਵਰੀ :

ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੌਜੂਦਾ ਹੈਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਵੱਲੋਂ ਬੀਤੇ ਕੁਝ ਦਿਨ ਪਹਿਲਾਂ ਜਲੰਧਰ ਵਿੱਚ ਇੱਕ ਪ੍ਰੈਸ ਕਾਨਫਰੰਸ ਕਾਰਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਕਾਲੀ ਦਲ ਦੇ ਉੱਤੇ ਕਈ ਸਵਾਲ ਚੁੱਕੇ ਸਨ। ਇਸ ਤੋਂ ਬਾਅਦ ਇਹ ਮਾਮਲਾ ਹੋਰ ਗੰਭੀਰ ਹੁੰਦਾ ਜਾ ਰਿਹਾ ਹੈ। ਹੁਣ ਰਣਜੀਤ ਸਿੰਘ ਗੌਹਰ ਵੱਲੋਂ  ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਮੰਗ ਪੱਤਰ ਦਿੱਤਾ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਗਿਆਨੀ ਰਘਬੀਰ ਸਿੰਘ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜੱਥੇਦਾਰ ਅਤੇ ਹੁਣ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੀਆਂ ਜਾਇਦਾਦਾਂ ਦੀ ਜਾਂਚ ਕਰਵਾਈ ਜਾਵੇ।

ਪੰਜਾਬ

ਦੇਸ਼