Breaking News
ਪੰਜਾਬ ਸਰਕਾਰ ਨੇ ਸਿਹਤ ਵਿਭਾਗ ’ਚ 361 ਅਸਾਮੀਆਂ ਭਰਨ ਦਿੱਤੀ ਹਰੀ ਝੰਡੀ

ਚੰਡੀਗੜ੍ਹ, 24 ਫਰਵਰੀ :

ਪੰਜਾਬ ਸਰਕਾਰ ਵੱਲੋਂ ਸਿਹਤ ਵਿਭਾਗ ਵਿਚ 361 ਅਸਾਮੀਆਂ ਨੂੰ ਸੁਰਜੀਤ ਕਰਨ ਅਤੇ ਭਰਨ ਲਈ ਵੱਡਾ ਫੈਸਲਾ ਲਿਆ ਗਿਆ ਹੈ। ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿਚ 361 ਅਸਾਮੀਆਂ ਸੁਰਜੀਤ ਕਰਨ ਅਤੇ ਭਰਨ ਦੀ ਹਰੀ ਝੰਡੀ ਦਿੱਤੀ ਗਈ ਹੈ। ਮੰਤਰੀ ਮੰਡਲ ਨੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿੱਚ ਸਟਾਫ ਨਰਸਾਂ (ਗਰੁੱਪ-ਸੀ) ਦੀਆਂ 361 ਖਾਲੀ ਅਸਾਮੀਆਂ ਨੂੰ ਮੁੜ ਸੁਰਜੀਤ ਕਰਨ ਅਤੇ ਭਰਨ ਦੀ ਪ੍ਰਵਾਨਗੀ ਦੇ ਦਿੱਤੀ। ਇਨ੍ਹਾਂ ਵਿੱਚ 224 ਉਹ ਅਸਾਮੀਆਂ ਸ਼ਾਮਲ ਹਨ ਜੋ ਇੱਕ ਸਾਲ ਤੋਂ ਵੱਧ ਸਮੇਂ ਤੋਂ ਖਾਲੀ ਹਨ ਅਤੇ 137 ਅਸਾਮੀਆਂ ਜੋ ਇੱਕ ਸਾਲ ਤੋਂ ਘੱਟ ਸਮੇਂ ਤੋਂ ਖਾਲੀ ਹਨ। ਇਨ੍ਹਾਂ ਅਸਾਮੀਆਂ ਨੂੰ ਪੰਜਾਬ ਅਧੀਨ ਚੋਣ ਸੇਵਾਵਾਂ ਬੋਰਡ ਦੇ ਦਾਇਰੇ ਤੋਂ ਬਾਹਰ ਕੱਢ ਕੇ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਫਰੀਦਕੋਟ ਰਾਹੀਂ ਭਰਿਆ ਜਾਵੇਗਾ।

ਜਸਵੀਰ ਗੜ੍ਹੀ ਨੇ ਐਸ.ਸੀ. ਮੁਲਾਜਮ ਜਥੇਬੰਦੀਆਂ ਦੀਆਂ ਮੁਸ਼ਕਲਾਂ ਸੁਣੀਆਂ


ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਨਿਯਮਿਤ ਕਰਨ ਸਬੰਧੀ ਕੀਤੀ ਗਈ ਮੰਗ

ਚੰਡੀਗੜ੍ਹ, 24 ਫਰਵਰੀ :

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਵੱਲੋਂ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਪੰਜਾਬ ਦੀਆਂ ਐਸ.ਸੀ ਮੁਲਾਜ਼ਮ ਜਥੇਬੰਦੀਆਂ ਦੀਆਂ ਸਮੱਸਿਆਵਾਂ ਅਤੇ ਸੰਵਿਧਾਨਕ ਅਧਿਕਾਰਾਂ ਨੂੰ ਲਾਗੂ ਕਰਵਾਉਣ ਵਿੱਚ ਆ ਰਹੀਆਂ ਦਿੱਕਤਾਂ ਨੂੰ ਹੱਲ ਕਰਵਾਉਣ ਲਈ ਪੰਜਾਬ ਭਵਨ, ਚੰਡੀਗੜ੍ਹ ਵਿਖੇ ਵਿਸ਼ੇਸ਼ ਮੀਟਿੰਗ ਦੀ ਪ੍ਰਧਾਨਗੀ ਕੀਤੀ ਗਈ।

ਇਸ ਮੀਟਿੰਗ ਵਿੱਚ ਸੂਬੇ ਦੀਆਂ ਜ਼ਿਆਦਾਤਰ ਐਸ.ਸੀ. ਮੁਲਾਜ਼ਮ ਜਥੇਬੰਦੀਆਂ ਵੱਲੋਂ ਹਿੱਸਾ ਲਿਆ ਗਿਆ। ਜੱਥੇਬੰਦੀਆਂ ਦੇ ਪ੍ਰਤੀਨਿਧੀਆਂ ਨੇ ਮੀਟਿੰਗ ਦੌਰਾਨ ਰਾਖਵਾਂਕਰਨ/ਪ੍ਰਤੀਨਿਧਤਾ ਸਬੰਧੀ ਪੰਜਾਬ ਵਿੱਚ ਲਾਗੂ ਨਿਯਮਾਂ ਦਾ ਮੁੜ ਮੁਲਾਂਕਣ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਪੰਜਾਬ ਰਾਜ ਵਿੱਚ ਰਾਖਵਾਂਕਰਨ ਨੀਤੀ 1971 ਦੇ ਮਰਦਮਸ਼ੁਮਾਰੀ ਅਨੁਸਾਰ ਤੈਅ ਕੀਤੀ ਗਈ ਸੀ, ਜਿਸ ਵਿੱਚ 50 ਸਾਲ ਬੀਤਣ ਦੇ ਬਾਵਜੂਦ ਦੀ ਕੋਈ ਮੁਲਾਂਕਣ ਨਹੀਂ ਕੀਤਾ ਗਿਆ ਜਦਕਿ ਪੰਜਾਬ ਰਾਜ ਵਿੱਚ ਦਲਿਤ ਆਬਾਦੀ 38 ਫੀਸਦ ਤੋਂ ਜ਼ਿਆਦਾ ਹੋ ਗਈ ਹੈ। ਇਸ ਦੇ ਨਾਲ ਹੀ ਇਨ੍ਹਾਂ ਆਗੂਆਂ ਵੱਲੋਂ 85ਵੀਂ ਸੰਵਿਧਾਨਕ ਸੋਧ ਲਾਗੂ ਕਰਨ, 10-10-2014 ਨੂੰ ਜਾਰੀ ਕੀਤੇ ਗਏ ਗੈਰ ਸੰਵਿਧਾਨਕ ਪੱਤਰ ਨੂੰ ਵਾਪਿਸ ਲੈਣ ਰੋਸਟਰ ਰਜਿਸਟਰਾਂ ਅਤੇ ਬੈਕਲਾਗ ਨਾਲ ਸਬੰਧਤ ਭਰਤੀਆਂ ਨਾਲ ਸਬੰਧਤ ਮਾਮਲਿਆਂ ਨੂੰ ਚੁੱਕਿਆ ਗਿਆ ਅਤੇ ਕਮਿਸ਼ਨ ਤੋਂ ਮੰਗ ਕੀਤੀ ਗਈ ਕਿ ਇਸ ਸਬੰਧੀ ਜਲਦ ਕਾਰਵਾਈ ਕਰਕੇ ਇਨ੍ਹਾਂ ਮਸਲਿਆਂ ਨੂੰ ਹੱਲ ਕਰਵਾਇਆ ਜਾਵੇ।

ਮੁਲਾਜ਼ਮ ਜੱਥੇਬੰਦੀਆਂ ਨੇ ਕੱਚੇ ਮੁਲਾਜ਼ਮਾਂ ਦਾ ਵੀ ਮੁੱਦਾ ਚੁੱਕਦਿਆਂ ਕਮਿਸ਼ਨ ਤੋਂ ਮੰਗ ਕੀਤੀ ਕਿ ਇਨ੍ਹਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਵਾਉਣ ਲਈ ਉੱਦਮ ਕੀਤੇ ਜਾਣ।

ਅੱਜ ਦੀ ਇਸ ਮੀਟਿੰਗ ਵਿੱਚ ਸ. ਜਸਵੀਰ ਸਿੰਘ ਪਾਲ, ਸ. ਅਵਤਾਰ ਸਿੰਘ ਕੈਂਥ, ਸ. ਅਮਰੀਕ ਸਿੰਘ ਬੰਗੜ, ਸ. ਕ੍ਰਿਸ਼ਨ ਸਿੰਘ ਅਤੇ ਕਈ ਹੋਰ ਹਾਜ਼ਰ ਸਨ।

ਏਅਰ ਐਂਬੂਲੈਂਸ ਕ੍ਰੈਸ਼, 7 ਲੋਕਾਂ ਦੀ ਮੌਤ

ਰਾਂਚੀ, 24 ਫਰਵਰੀ :

ਝਾਰਖੰਡ ਦੇ ਰਾਂਚੀ ‘ਚ ਏਅਰ ਐਂਬੂਲੈਂਸ ਕ੍ਰੈਸ਼ ਹੋਣ ਕਾਰਨ ਵੱਡਾ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿਚ ਦੋ ਪਾਇਲਟ, ਇਕ ਡਾਕਟਰ ਅਤੇ ਮਰੀਜ਼ ਸਮੇਤ 7 ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਇਹ ਹਾਦਸਾ ਮੌਸਮ ਖਰਾਬ ਹੋਣ ਕਾਰਨ ਵਾਪਰਿਆ ਹੈ। ਇਸ ਏਅਰ ਐਂਬੂਲੈਂਸ ਨੇ ਰਾਂਚੀ ਦੇ ਵਿਰਸਾ ਮੁੰਡਾ ਏਅਰਪੋਰਟ ਤੋਂ ਉਡਾਣ ਭਰੀ ਸੀ, ਜਿਸ ਰਾਹੀਂ ਮਰੀਜ਼ ਨੂੰ ਦਿੱਲੀ ਲਿਆਂਦਾ ਜਾ ਰਿਹਾ ਸੀ।

ਮਿਲੀ ਜਾਣਕਾਰੀ ਮੁਤਾਬਕ ਲਾਤੇਹਾਰ ਦੇ ਚਾਂਦਵਾ ਦੇ ਰਹਿਣ ਵਾਲੇ 41 ਸਾਲਾ ਸੰਜੇ ਕੁਮਾਰ ਨੂੰ ਬਿਹਤਰ ਇਲਾਜ ਲਈ ਦਿੱਲੀ ਲਿਜਾਇਆ ਜਾ ਰਿਹਾ ਸੀ। ਬੀਤੇ ਸ਼ਾਮ 7 ਵਜੇ ਦੇ ਕਰੀਬ ਜਹਾਜ਼ ਨੇ ਉਡਾਣ ਭਰੀ ਸੀ, ਜਿਸ ਤੋਂ 20 ਮਿੰਟ ਬਾਅਦ ਹੀ ਅਚਾਨਕ ਏਅਰ ਟ੍ਰੈਫਿਕ ਕੰਟਰੋਲ (ਏਟੀਸੀ) ਨਾਲ ਸੰਪਰਕ ਟੁੱਟ ਗਿਆ ਅਤੇ ਚਤਰਾ ਜ਼ਿਲ੍ਹੇ ਦੇ ਸਿਮਰੀਆ ਥਾਣਾ ਖੇਤਰ ਵਿੱਚ ਕਸੀਆਤੂ ਦੇ ਅਧੀਨ ਕਰਮਤੰਡ ਜੰਗਲ ਵਿੱਚ ਹਾਦਸਾਗ੍ਰਸਤ ਹੋ ਗਿਆ। ਚਸ਼ਮਦੀਦਾਂ ਦੇ ਅਨੁਸਾਰ, ਉਸ ਸਮੇਂ ਖੇਤਰ ਵਿੱਚ ਤੇਜ਼ ਤੂਫ਼ਾਨ, ਬਿਜਲੀ ਅਤੇ ਭਾਰੀ ਮੀਂਹ ਪੈ ਰਿਹਾ ਸੀ। ਹਾਦਸੇ ਦੀ ਖ਼ਬਰ ਮਿਲਦਿਆ ਹੀ ਜ਼ਿਲ੍ਹਾ ਪ੍ਰਸ਼ਾਸਨ ਨੇ ਸਥਾਨਕ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਤੁਰੰਤ ਕਾਰਵਾਈ ਸੰਭਾਲ ਲਈ। ਚਤਰਾ ਦੇ ਡੀਸੀ ਕੀਰਤੀ ਸ਼੍ਰੀ ਜੀ ਅਤੇ ਐਸਪੀ ਸੁਮਿਤ ਕੁਮਾਰ ਅਗਰਵਾਲ ਭਾਰੀ ਪੁਲਿਸ ਫੋਰਸ ਅਤੇ ਅਰਧ ਸੈਨਿਕ ਬਲਾਂ ਨਾਲ ਮੌਕੇ ‘ਤੇ ਪਹੁੰਚੇ। ਜਹਾਜ਼ ਦੇ ਮਲਬੇ ਵਿੱਚੋਂ ਇੱਕ ਔਰਤ ਅਤੇ ਛੇ ਪੁਰਸ਼ਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਘਟਨਾ ਦੇ ਹਰ ਪਹਿਲੂ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਇੱਕ ਫੋਰੈਂਸਿਕ ਟੀਮ ਨੂੰ ਘਟਨਾ ਸਥਾਨ ‘ਤੇ ਬੁਲਾਇਆ ਗਿਆ ਹੈ।

ਘਰ ’ਚ ਲੱਗੀ ਭਿਆਨਕ ਅੱਗ, ਪਰਿਵਾਰ ਦੇ 6 ਮੈਂਬਰਾਂ ਦੀ ਮੌਤ

ਮੇਰਠ, 24 ਫਰਵਰੀ :

ਉਤਰ ਪ੍ਰਦੇਸ਼ ਦੇ ਮੇਰਠ ਵਿਚ ਭਿਆਨਕ ਅੱਗ ਲੱਗਣ ਕਾਰਨ ਵੱਡਾ ਹਾਦਸਾ ਵਾਪਰਿਆ ਹੈ। ਅੱਗ ਕਾਰਨ ਇਕ ਪਰਿਵਾਰ ਦੇ 6 ਮੈਂਬਰਾਂ ਦੀ ਮੌਤ ਹੋ ਗਈ। ਇਹ ਹਾਦਸਾ ਬੀਤੇ ਦੇਰ ਰਾਤ ਨੂੰ ਵਾਪਰਿਆ ਹੈ।

ਅੱਗ ਲੱਗਣ ਦਾ ਪਤਾ ਚਲਦਿਆਂ ਹੀ ਸਥਾਨਕ ਲੋਕਾਂ ਨੇ ਇਕੱਠੇ ਹੋ ਦੇ ਅੱਗ ਬਝਾਉਣ ਦਾ ਕੰਮ ਸ਼ੁਰੂ ਕਰ ਦਿੱਤਾ। ਖਬਰ ਮਿਲਦਿਆਂ ਹੀ ਪੁਲਿਸ ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ਉਤੇ ਪਹੁੰਚ ਗਈ। ਜ਼ਖਮੀਆਂ ਨੂੰ ਤੁਰੰਤ ਹਸਪਤਾਲ ਭਰਤੀ ਕਰਵਾਇਆ ਗਿਆ। ਹਸਪਤਾਲ ਵਿਚ ਡਾਕਟਰਾਂ ਨੇ 6 ਮ੍ਰਿਤਕ ਐਲਾਨ ਦਿੱਤਾ। ਮਰਨ ਵਾਲਿਆਂ ਵਿਚ ਮਾਸੂਮ ਬੱਚੇ ਅਤੇ ਔਰਤਾਂ ਵੀ ਸ਼ਾਮਲ ਹਨ। ਇਸ ਘਟਨਾ ਸਬੰਧੀ ਐਸਪੀ ਅਵਿਨਾਸ਼ ਪਾਂਡੇ ਨੇ ਦੱਸਿਆ ਕਿ ਅੱਗ ਲੱਗਣ ਦੀ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਤੇ ਪ੍ਰਸ਼ਾਸਨ ਮੌਕੇ ਉਤੇ ਪਹੁੰਚ ਗਿਆ ਸੀ। ਇਸ ਘਟਨਾ ਦਾ ਜਾਂਚ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ।

SGPC ਨੇ ਬੁਲਾਈ ਅੰਤ੍ਰਿੰਗ ਕਮੇਟੀ ਦੀ ਮੀਟਿੰਗ, ਗਿ. ਰਘਵੀਰ ਸਿੰਘ ‘ਤੇ ਲਿਆ ਜਾ ਸਕਦਾ ਵੱਡਾ ਫ਼ੈਸਲਾ

ਅੰਮ੍ਰਿਤਸਰ, 24 ਫਰਵਰੀ :

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਉਣ ਵਾਲੀ 26 ਫਰਵਰੀ ਨੂੰ ਅੰਤਰਿੰਗ ਕਮੇਟੀ  ਦੀ ਇੱਕ ਵਿਸ਼ੇਸ਼ ਬੈਠਕ ਬੁਲਾਈ ਗਈ ਹੈ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵੱਲੋਂ ਸਾਂਝੀ ਕੀਤੀ ਗਈ ਹੈ। ਇਹ ਬੈਠਕ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਵੇਗੀ, ਜਿਸ ਵਿੱਚ ਕਮੇਟੀ ਦੇ ਚੁਣੇ ਹੋਏ ਅੰਤਰਿੰਗ ਮੈਂਬਰ ਸ਼ਮੂਲੀਅਤ ਕਰਨਗੇ। ਪ੍ਰਾਪਤ ਵੇਰਵਿਆਂ ਅਨੁਸਾਰ, ਇਹ ਬੈਠਕ 26 ਫਰਵਰੀ ਨੂੰ ਦੁਪਹਿਰ ਤੋਂ ਬਾਅਦ ਸ਼ਾਮ ਦੇ ਸਮੇਂ ਸ਼ੁਰੂ ਹੋਵੇਗੀ। ਹਾਲਾਂਕਿ ਬੈਠਕ ਦੇ ਏਜੰਡੇ ਬਾਰੇ ਅਧਿਕਾਰਤ ਤੌਰ ‘ਤੇ ਜ਼ਿਆਦਾ ਖੁਲਾਸਾ ਨਹੀਂ ਕੀਤਾ ਗਿਆ, ਪਰ ਮੰਨਿਆ ਜਾ ਰਿਹਾ ਹੈ ਕਿ ਇਸ ਵਿੱਚ ਸਿੱਖ ਪੰਥ ਨੂੰ ਦਰਪੇਸ਼ ਮੌਜੂਦਾ ਚੁਣੌਤੀਆਂ, ਗੁਰਦੁਆਰਾ ਪ੍ਰਬੰਧਾਂ ਵਿੱਚ ਸੁਧਾਰ ਅਤੇ ਕੌਮ ਦੇ ਅਹਿਮ ਧਾਰਮਿਕ ਮੁੱਦਿਆਂ ‘ਤੇ ਅਹਿਮ ਫੈਸਲੇ ਲਏ ਜਾ ਸਕਦੇ ਹਨ। ਇਸ ਤੋਂ ਇਲਾਵਾ, ਕਮੇਟੀ ਦੇ ਆਉਣ ਵਾਲੇ ਬਜਟ ਅਤੇ ਪ੍ਰਬੰਧਕੀ ਮਾਮਲਿਆਂ ‘ਤੇ ਵੀ ਵਿਚਾਰ-ਵਟਾਂਦਰਾ ਹੋਣ ਦੀ ਉਮੀਦ ਹੈ। ਮੀਟਿੰਗ ਵਿਚ ਗਿਆਨੀ ਰਘਬੀਰ ਸਿੰਘ ਸਬੰਧੀ ਕੋਈ ਵੱਡਾ ਫੈਸਲਾ ਲਿਆ ਜਾ ਸਕਦਾ ਹੈ। ਜ਼ਿਕਰਯੋਗ ਹੈ ਕਿ ਗਿਆਨੀ ਰਘਬੀਰ ਸਿੰਘ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਐਸਜੀਪੀਸੀ ਉਪਰ ਵੱਡੇ ਦੋਸ਼ ਲਗਾਏ ਗਏ ਸਨ। ਇਸ ਤੋਂ ਅਗਲੇ ਦਿਨ ਐਸਜੀਪੀਸੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਹੋਈ ਸੀ, ਜਿਸ ਵਿਚ ਇਹ ਫੈਸਲਾ ਕੀਤਾ ਗਿਆ ਸੀ ਕਿ ਗਿਆਨੀ ਰਘਬੀਰ ਸਿੰਘ 72 ਘੰਟਿਆਂ ਵਿਚ ਸਾਰੇ ਸਬੂਤ ਪੇਸ਼ ਕਰਨ। ਇਸ ਸਬੰਧੀ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇਹ ਵੀ ਕਿਹਾ ਸੀ ਕਿ ਜੇਕਰ ਉਨ੍ਹਾਂ ਵੱਲੋਂ 72 ਘੰਟਿਆਂ ਵਿਚ ਕੋਈ ਜਵਾਬ ਨਹੀਂ ਦਿੱਤਾ ਜਾਂਦਾ ਤਾਂ ਅੰਤ੍ਰਿੰਗ ਕਮੇਟੀ ਅਗਲੇ ਫੈਸਲਾ ਲਵੇਗੀ। ਸ਼੍ਰੋਮਣੀ ਕਮੇਟੀ ਦੀ ਇਸ ਬੈਠਕ ‘ਤੇ ਸਿੱਖ ਜਗਤ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ, ਕਿਉਂਕਿ ਪਿਛਲੇ ਕੁਝ ਸਮੇਂ ਤੋਂ ਚੱਲ ਰਹੇ ਪੰਥਕ ਵਿਵਾਦਾਂ ਅਤੇ ਪ੍ਰਬੰਧਕੀ ਮਸਲਿਆਂ ਦੇ ਹੱਲ ਲਈ ਇਹ ਇਕੱਤਰਤਾ ਕਾਫੀ ਅਹਿਮ ਮੰਨੀ ਜਾ ਰਹੀ ਹੈ।

ਨਸ਼ਾ ਤਸਕਰੀ ਨਾਲ ਸਬੰਧਤ ਨੈੱਟਵਰਕ ਦੇ ਤਿੰਨ ਕਾਰਕੁੰਨ 6 ਕਿਲੋ ਹੈਰੋਇਨ ਅਤੇ 6 ਕਿਲੋ ਆਈਸੀਈ ਸਮੇਤ ਅੰਮ੍ਰਿਤਸਰ ਤੋਂ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 23 ਫਰਵਰੀ :

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਨਸ਼ਾ ਤਸਕਰੀ ਨਾਲ ਜੁੜੇ ਮਾਡਿਊਲ ਦੇ ਤਿੰਨ ਕਾਰਕੁਨਾਂ ਨੂੰ 6 ਕਿਲੋ ਹੈਰੋਇਨ ਅਤੇ 6 ਕਿਲੋ ਆਈਸੀਈ (ਕ੍ਰਿਸਟਲ ਮੇਥਾਮਫੇਟਾਮਾਈਨ) ਬਰਾਮਦ ਕਰਕੇ, ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਫਿਰੋਜ਼ਪੁਰ ਦੇ ਪਿੰਡ ਸੁਰਸਿੰਘ ਵਾਲਾ ਦੇ ਵਸਨੀਕ ਪ੍ਰਤਾਪ ਸਿੰਘ, ਅੰਮ੍ਰਿਤਸਰ ਦੇ ਪਿੰਡ ਕੋਹਾਲਾ ਦੇ ਵਸਨੀਕ ਅਜੈਪਾਲ ਸਿੰਘ ਅਤੇ ਅੰਮ੍ਰਿਤਸਰ ਦੇ ਪਿੰਡ ਖਿਆਲਾ ਕਲਾਂ ਦੇ ਵਸਨੀਕ ਜੋਬਨਦੀਪ ਸਿੰਘ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਨਸ਼ੀਲੇ ਪਦਾਰਥਾਂ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ ਦੋਸ਼ੀਆਂ ਦਾ ਕਾਲੇ ਰੰਗ ਦਾ ਸਪਲੈਂਡਰ ਮੋਟਰਸਾਈਕਲ (ਪੀਬੀ 02ਐਫ.ਈ. 1185) ਅਤੇ ਚਿੱਟੇ ਰੰਗ ਦੀ ਐਕਟਿਵਾ (ਪੀਬੀ02 ਈਟੀ 8995) ਵੀ ਜ਼ਬਤ ਕਰ ਲਿਆ ਹੈ, ਜੋ ਖੇਪ ਦੀ ਢੋਆ-ਢੁਆਈ ਲਈ ਵਰਤੇ ਜਾ ਰਹੇ ਸਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ, ਪ੍ਰਤਾਪ ਸਿੰਘ ਅਤੇ ਅਜੈਪਾਲ ਸਿੰਘ ਪਾਕਿਸਤਾਨੀ ਤਸਕਰ ਦੇ ਸਿੱਧੇ ਸੰਪਰਕ ਵਿੱਚ ਸਨ।

ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਅੰਮ੍ਰਿਤਸਰ ਦੇ ਪਿੰਡਾਂ ਅਟਲਗੜ੍ਹ ਅਤੇ ਰਤਨ ਦੇ ਵਾੜ ਵਾਲੇ ਖੇਤਰ ਤੋਂ ਡਰੋਨ ਰਾਹੀਂ ਸਰਹੱਦ ਪਾਰੋਂ ਤਸਕਰੀ ਕੀਤੀਆਂ ਖੇਪਾਂ ਪ੍ਰਾਪਤ ਕਰ ਰਹੇ ਸਨ ਅਤੇ ਉਨ੍ਹਾਂ ਨੂੰ ਸੂਬੇ ਵਿੱਚ ਅੱਗੇ ਹੋਰਨਾਂ ਨੂੰ ਇਹ ਨਸ਼ੀਲੇ ਪਦਾਰਥ ਸਪਲਾਈ ਕਰਨ ਦਾ ਕੰਮ ਸੌਂਪਿਆ ਗਿਆ ਸੀ।

ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਕਿਹਾ ਕਿ ਸੀਆਈ ਅੰਮ੍ਰਿਤਸਰ ਨੂੰ ਪੁਖ਼ਤਾ ਖੁਫੀਆ ਜਾਣਕਾਰੀ ਮਿਲੀ ਸੀ ਕਿ ਪ੍ਰਤਾਪ ਸਿੰਘ ਅਤੇ ਅਜੈਪਾਲ ਸਿੰਘ ਨੂੰ ਹਾਲ ਹੀ ਵਿੱਚ ਡਰੋਨ ਰਾਹੀਂ ਨਸ਼ੀਲੇ ਪਦਾਰਥਾਂ ਦੀ ਇੱਕ ਵੱਡੀ ਖੇਪ ਮਿਲੀ ਹੈ ਅਤੇ ਉਹ ਇਸ ਖੇਪ ਨੂੰ ਪਿੰਡ ਪਧਰੀ ਵਿਖੇ ਸ਼ਮਸ਼ਾਨ ਘਾਟ ਦੀ ਪਾਣੀ ਵਾਲੀ ਟੈਂਕੀ ਨੇੜੇ ਆਪਣੇ ਸਾਥੀ ਜੋਬਨਦੀਪ ਸਿੰਘ ਤੱਕ ਪਹੁੰਚਾਉਣ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦਿਆਂ ਸੀ.ਆਈ. ਅੰਮ੍ਰਿਤਸਰ ਦੀ ਪੁਲਿਸ ਟੀਮ ਨੇ ਉਸ ਥਾਂ ’ਤੇ ਛਾਪਾ ਮਾਰਿਆ ਅਤੇ ਤਿੰਨਾਂ ਸ਼ੱਕੀਆਂ ਨੂੰ 6 ਕਿਲੋ ਹੈਰੋਇਨ ਅਤੇ 6 ਕਿਲੋ ਆਈਸੀਈ ਸਮੇਤ ਗ੍ਰਿਫ਼ਤਾਰ ਕੀਤਾ।

ਡੀਜੀਪੀ ਨੇ ਕਿਹਾ ਕਿ ਮਾਮਲੇ ਵਿੱਚ ਪੂਰੇ ਗਿਰੋਹ ਦਾ ਪਰਦਾਫਾਸ਼ ਕਰਨ ਲਈ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਅਤੇ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਉਮੀਦ ਹੈ।

ਇਸ ਸਬੰਧ ਵਿੱਚ ਐਫਆਈਆਰ ਨੰਬਰ 10 ਮਿਤੀ 23.02.2026 ਨੂੰ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21, 22, 25 ਅਤੇ 29 ਤਹਿਤ ਕੇਸ ਦਰਜ ਕੀਤਾ ਗਿਆ ਹੈ।

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਦੇ ਕਾਰਜਕਾਲ ਵਿੱਚ ਵਾਧਾ

ਐਸ.ਏ.ਐਸ. ਨਗਰ (ਮੋਹਾਲੀ), 23 ਫਰਵਰੀ 2026 :

ਪੰਜਾਬ ਸਰਕਾਰ ਵੱਲੋਂ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੇ ਕਾਰਜਕਾਲ ਵਿੱਚ ਵਾਧਾ ਕੀਤਾ ਗਿਆ ਹੈ। ਇਸ ਫੈਸਲੇ ਨਾਲ ਹਰ ਵਰਗ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਕਾਰਜਕਾਲ ਵਿੱਚ ਵਾਧਾ ਹੋਣ ਤੋਂ ਬਾਅਦ ਸ. ਹਰਚੰਦ ਸਿੰਘ ਬਰਸਟ ਅੱਜ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਪਹੁੰਚੇ, ਜਿੱਥੇ ਸਮੂੰਹ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ ਅਤੇ ਫੁੱਲਾਂ ਦੇ ਗੁਲਦਸਤਿਆਂ ਨਾਲ ਉਨ੍ਹਾਂ ਨੂੰ ਵਧਾਈ ਦਿੱਤੀ ਗਈ। ਇਸ ਮੌਕੇ ਪੰਜਾਬ ਮੰਡੀ ਬੋਰਡ ਦੇ ਦਫ਼ਤਰ ਦਾ ਮਾਹੌਲ ਖੁਸ਼ੀ ਅਤੇ ਉਤਸ਼ਾਹ ਨਾਲ ਭਰਪੂਰ ਰਿਹਾ।

ਇਸ ਦੌਰਾਨ ਆਪਣੇ ਸੰਬੋਧਨ ਵਿੱਚ ਚੇਅਰਮੈਨ ਸ. ਬਰਸਟ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ, ਪੰਜਾਬ ਪ੍ਰਭਾਰੀ ਸ੍ਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਸ੍ਰੀ ਅਮਨ ਅਰੋੜਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੌਂਪੀ ਗਈ ਜਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਹੋਰ ਵੱਧ ਜੋਸ਼ ਅਤੇ ਜ਼ਿੰਮੇਵਾਰੀ ਨਾਲ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਅਤੇ ਮੁਲਾਜਮਾਂ ਦੇ ਹਿੱਤ ਵਿੱਚ ਕੰਮ ਕਰਦੇ ਰਹਿਣਗੇ। ਉਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁਚੱਜੇ ਪ੍ਰਬੰਧਾਂ ਅਤੇ ਸਹੂਲਤਾਂ ਦੇ ਵਿਸਥਾਰ ਲਈ ਹੋਰ ਜਿਆਦਾ ਜੋਸ਼ ਨਾਲ ਯਤਨ ਕਰਨ।ਚੇਅਰਮੈਨ ਨੇ ਖਾਸ ਤੌਰ ‘ਤੇ ਪੰਜਾਬ ਮੰਡੀ ਬੋਰਡ ਦੀ ਆਮਦਨ ਵਿੱਚ ਵਾਧਾ ਕਰਨ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਆਧੁਨਿਕ ਤਕਨੀਕਾਂ ਦੇ ਇਸਤੇਮਾਲ ਅਤੇ ਡਿਜੀਟਲ ਪ੍ਰਣਾਲੀਆਂ ਦੇ ਵਿਸਥਾਰ ਨਾਲ ਬੋਰਡ ਦੀ ਕਾਰਗੁਜ਼ਾਰੀ ਨੂੰ ਹੋਰ ਮਜ਼ਬੂਤ ਬਣਾਇਆ ਜਾਵੇਗਾ। ਇਸ ਦੇ ਨਾਲ-ਨਾਲ ਸੂਬੇ ਦੀਆਂ ਮੰਡੀਆਂ ਦੇ ਵਿਕਾਸ ਲਈ ਢਾਂਚਾਗਤ ਸੁਧਾਰ, ਸਫਾਈ ਪ੍ਰਬੰਧ ਅਤੇ ਬੁਨਿਆਦੀ ਸਹੂਲਤਾਂ ਨੂੰ ਅਪਗ੍ਰੇਡ ਕਰਨ ਲਈ ਵੀ ਵਿਸ਼ੇਸ਼ ਯੋਜਨਾਵਾਂ ਤਹਿਤ ਕੰਮ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਦੀ ਖੇਤਾਬਾੜੀ ਪ੍ਰਣਾਲੀ ਵਿੱਚ ਮੰਡੀਆਂ ਦੀ ਕੇਂਦਰੀ ਭੂਮਿਕਾ ਹੈ ਅਤੇ ਮੰਡੀਆਂ ਸਿਰਫ਼ ਖਰੀਦ-ਫਰੋਖ਼ਤ ਦਾ ਕੇਂਦਰ ਨਹੀਂ, ਸਗੋਂ ਕਿਸਾਨਾਂ ਦੀ ਆਰਥਿਕ ਮਜ਼ਬੂਤੀ ਦਾ ਆਧਾਰ ਹਨ ਅਤੇ ਇਸ ਭੂਮਿਕਾ ਨੂੰ ਹੋਰ ਮਜਬੂਤ ਬਣਾਉਣਾ ਹੀ ਉਨ੍ਹਾਂ ਦਾ ਮੁੱਖ ਲਕਸ਼ ਹੈ। ਸ. ਬਰਸਟ ਨੇ ਵਿਸ਼ਵਾਸ ਜਤਾਇਆ ਕਿ ਸਾਰਿਆਂ ਦੇ ਸਾਂਝੇ ਯਤਨਾਂ ਨਾਲ ਪੰਜਾਬ ਮੰਡੀ ਬੋਰਡ ਨਵੀਆਂ ਉਚਾਈਆਂ ਹਾਸਲ ਕਰੇਗਾ। ਇਸ ਮੌਕੇ ਤੇ ਸ੍ਰੀ ਕੁਮਾਰ ਅਮਿਤ ਆਈ.ਏ.ਐਸ. ਸਕੱਤਰ ਪੰਜਾਬ ਮੰਡੀ ਬੋਰਡ, ਸ. ਜਤਿੰਦਰ ਸਿੰਘ ਭੰਗੂ ਇੰਜੀਨਿਅਰ ਇਨ ਚੀਫ਼, ਸ. ਹਰਜੀਤ ਸਿੰਘ ਸੰਧੂ ਪੀ.ਸੀ.ਐਸ. ਸੰਯੁਕਤ ਸਕੱਤਰ ਸਮੇਤ ਸਮੂੰਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਸ. ਹਰਚੰਦ ਸਿੰਘ ਬਰਸਟ ਦਾ ਸਵਾਗਤ ਕੀਤਾ। ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸ. ਬਰਸਟ ਦੀ ਅਗਵਾਈ ਵਿੱਚ ਕਿਸਾਨਾਂ, ਮਜਦੂਰਾਂ, ਆੜ੍ਹਤੀਆਂ ਅਤੇ ਮੁਲਾਜਮਾਂ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਬਾਰੇ ਵਿਸਥਾਰ ਨਾਲ ਦੱਸਿਆ ਅਤੇ ਵਿਸ਼ਵਾਸ ਦਵਾਇਆ ਕਿ ਸਮੂੰਹ ਅਧਿਕਾਰੀ ਅਤੇ ਕਰਮਚਾਰੀ ਆਪਣੀ ਜਿੰਮੇਵਾਰੀਆਂ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ।

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ’ਚ ਲਏ ਵੱਡੇ ਫੈਸਲੇ

ਚੰਡੀਗੜ੍ਹ, 23 ਫਰਵਰੀ :

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ। ਇਹ ਮੀਟਿੰਗ ਮੁੱਖ ਮੰਤਰੀ ਦੀ ਰਿਹਾਇਸ਼ ਉਤੇ ਹੋਈ। ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰੈਸ ਕਾਨਫਰੰਸ ਕਰਕੇ ਫੈਸਲਿਆਂ ਬਾਰੇ ਦੱਸਿਆ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੀ ਆਰਥਿਕਤਾ ਨੂੰ ਲੈ ਕੇ ਮੰਤਰੀ ਮੰਡਲ ਦੀ ਮੀਟਿੰਗ ਵਿਚ ਵੱਡੇ ਫੈਸਲੇ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ PSIEC ’ਚ OTS ਸਕੀਮ ਦੀ ਜੂਨ 2026 ਤੱਕ ਵਧਾਈ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਾਲਾਨਾ ਬਜਟ ਸੈਸ਼ਨ 6 ਮਾਰਚ ਤੋਂ 16 ਮਾਰਚ ਤੱਕ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਹੋਵੇਗਾ। 6 ਮਾਰਚ ਨੂੰ ਪੰਜਾਬ ਦੇ ਰਾਜਪਾਲ ਭਾਸ਼ਣ ਦੇਣਗੇ। 7 ਮਾਰਚ ਨੂੰ ਛੁੱਟੀ ਹੋਵੇਗੀ। 8 ਮਾਰਚ ਐਤਵਾਰ ਨੂੰ ਬਜਟ ਪੇਸ਼ ਕੀਤਾ ਜਾਵੇਗਾ। ਮਹਿਲਾ ਦਿਵਸ ਵਾਲੇ ਦਿਨ ਇਹ ਬਜਟ ਪੇਸ਼ ਕੀਤਾ ਜਾਵੇਗਾ। 9 ਮਾਰਚ ਨੂੰ ਰਾਜਪਾਲ ਦੇ ਭਾਸ਼ਣ ਉਤੇ ਬਹਿਸ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਅੱਜ ਕੈਬਨਿਟ ਮੀਟਿੰਗ ਵਿਚ ਪੰਜਾਬ ਦੀ ਆਬਕਾਰੀ ਨੀਤੀ ਨੂੰ ਮਨਜ਼ੂਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਨਵੀਂ ਆਬਕਾਰੀ ਨੀਤੀ ਨਾਲ 50 ਫੀਸਦੀ ਤੋਂ ਵੱਧ ਦਾ ਇਜ਼ਾਫ਼ਾ ਮਿਲਿਆ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਿਛਲੇ ਸਾਲ ਦੇ ਮਾਲੀਆ ਦਾ ਟੀਚਾ ਅਸੀਂ ਹਾਸਲ ਕਰ ਲਿਆ, ਹੁਣ 2026-27 ਦਾ 12,800 ਕਰੋੜ ਦਾ ਮਾਲੀਆ ਵਧਾਉਣ ਦਾ ਟੀਚਾ ਹੈ।

ਸੁਪਰੀਮ ਕੋਰਟ ’ਚ ਨਿਕਲੀਆਂ ਅਸਾਮੀਆਂ

ਨਵੀਂ ਦਿੱਲੀ, 23 ਫਰਵਰੀ :

ਸਰਕਾਰੀ ਨੌਕਰੀਆਂ ਦੀ ਤਿਆਰੀ ਕਰ ਰਹੇ ਨੌਜਵਾਨਾਂ ਲਈ ਇਹ ਚੰਗੀ ਖਬਰ ਸਾਹਮਣੇ ਆਈ ਹੈ ਕਿ ਸੁਪਰੀਮ ਕੋਰਟ ਵਿਚ ਅਸਾਮੀਆਂ ਨਿਕਲੀਆਂ ਹਨ। ਸੁਪਰੀਮ ਕੋਰਟ ਵੱਲੋਂ ਵੱਖ ਵੱਖ ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਹੈ। 23 ਫਰਵਰੀ ਤੋਂ ਇਨ੍ਹਾਂ ਅਸਾਮੀਆਂ ਲਈ ਫਾਰਮ ਭਰ ਸਕਦੇ ਹਨ। 8 ਮਾਰਚ 2026 ਆਖਰੀ ਮਿਤੀ ਹੋਵੇਗੀ। ਯੋਗ ਉਮੀਦਵਾਰ ਸੁਪਰੀਮ ਕੋਰਟ ਦੀ ਵੈਬਸਾਈਟ ਉਤੇ ਜਾ ਕੇ ਅਪਲਾਈ ਕਰ ਸਕਦੇ ਹਨ।

ਅਸਾਮੀਆਂ ਬਾਰੇ ਵਿਸਥਾਰ ਨਾਲ ਪੜ੍ਹਨ ਲਈ ਇੱਥੇ ਕਲਿੱਕ ਕਰੋ

6 ਮਾਰਚ ਤੋਂ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ

ਚੰਡੀਗੜ੍ਹ, 23 ਫਰਵਰੀ :

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿਚ ਬਜਟ ਬੁਲਾਏ ਜਾਣ ਨੂੰ ਲੈ ਕੇ ਵੱਡਾ ਫੈਸਲਾ ਕੀਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ 6 ਮਾਰਚ ਤੋਂ 16 ਮਾਰਚ ਤੱਕ ਬਜਟ ਸੈਸ਼ਨ ਬੁਲਾਇਆ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮਹਿਲਾ ਦਿਵਸ਼ ਵਾਲੇ ਦਿਨ 8 ਮਾਰਚ ਨੂੰ ਬਜਟ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਬਜਟ ਵਿਚ ਹਰ ਵਰਗ ਦਾ ਧਿਆਨ ਰੱਖਿਆ ਜਾਵੇਗਾ।

ਪੰਜਾਬ

ਦੇਸ਼