Breaking News
50000 ਰੁਪਏ ਰਿਸ਼ਵਤ ਦੀ ਮੰਗ ਕਰਨ ਵਾਲਾ ਸਰਪੰਚ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਚੰਡੀਗੜ੍ਹ, 24 ਫਰਵਰੀ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਪਿੰਡ ਦੇਵੀਨਗਰ (ਅਭਰਾਵਨ) ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਸਰਪੰਚ ਗੁਰਚਰਨ ਸਿੰਘ ਨੂੰ 50000 ਰੁਪਏ ਰਿਸ਼ਵਤ ਦੀ ਮੰਗ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ’ਤੇ ਦਰਜ ਸ਼ਿਕਾਇਤ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ। ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਜ਼ਿਲ੍ਹਾ ਐਸਏਐਸ ਨਗਰ ਦੇ ਪਿੰਡ ਦੇਵੀਨਗਰ (ਅਭਰਾਵਨ) ਦੇ ਸਰਪੰਚ ਗੁਰਚਰਨ ਸਿੰਘ ਨੇ ਸ਼ਿਕਾਇਤਕਰਤਾ ਦਾ ਟਰੈਕਟਰ, ਜੋ ਪੁਲੀਸ ਕੋਲ ਜ਼ਬਤ ਸੀ, ਨੂੰੰ ਥਾਣਾ ਬਨੂੜ ਤੋਂ ਛੁਡਾਉਣ ਬਦਲੇ 100000 ਰੁਪਏ ਰਿਸ਼ਵਤ ਮੰਗੀ ਸੀ। ਸ਼ਿਕਾਇਤਕਰਤਾ ਦੀ ਵਾਰ-ਵਾਰ ਬੇਨਤੀ ’ਤੇ ਦੋਸ਼ੀ ਸਰਪੰਚ ਨਾਲ ਸੌਦਾ 50000 ਰੁਪਏ ਵਿੱਚ ਤੈਅ ਹੋਇਆ। ਸ਼ਿਕਾਇਤਕਰਤਾ ਨੇ ਰਿਸ਼ਵਤ ਸਬੰਧੀ ਪੂਰੀ ਗੱਲਬਾਤ ਰਿਕਾਰਡ ਕਰ ਲਈ ਸੀ।

ਇਸ ਸਬੰਧੀ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ ਐਸਏਐਸ ਨਗਰ ਰੇਂਜ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ : ਭਗਵੰਤ ਮਾਨ

ਮਾਨਸਾ, 24 ਫਰਵਰੀ :
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ ਅਤੇ ਕਾਂਗਰਸ ਦੇ ਦਹਾਕਿਆਂ ਦੇ ਸ਼ਾਸਨ ਨੇ ਜਾਣ-ਬੁੱਝ ਕੇ ਪੰਜਾਬ ਦੇ ਬੱਚਿਆਂ ਨੂੰ ਅਨਪੜ੍ਹ ਰੱਖਿਆ, ਜਦੋਂ ਕਿ ਸਿਆਸੀ ਪਰਿਵਾਰ ਵਧਦੇ-ਫੁੱਲਦੇ ਰਹੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਪਾਰਟੀਆਂ ਨੂੰ ਕਦੇ ਵੀ ਲੋਕਾਂ ਦੀ ਤਰੱਕੀ ਦੀ ਚਿੰਤਾ ਨਹੀਂ ਸੀ, ਸਗੋਂ ਸਿਰਫ਼ ਆਪਣੇ ਧੀਆਂ-ਪੁੱਤਰਾਂ ਅਤੇ ਰਿਸ਼ਤੇਦਾਰਾਂ ਲਈ ਸੱਤਾ ਹਾਸਲ ਕਰਨ ਦੀ ਚਿੰਤਾ ਸੀ। ਸਰਦੂਲਗੜ੍ਹ ਵਿੱਚ ਸਰਕਾਰੀ ਆਈ.ਟੀ.ਆਈ., ਜੋ ਹਰ ਸਾਲ 240 ਵਿਦਿਆਰਥੀਆਂ ਨੂੰ ਹੁਨਰਮੰਦ ਬਣਾਏਗੀ, ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਹੁਣ ਚੋਣ ਸੁਪਨਾ ਪੂਰਾ ਕਰਨ ਲਈ ਦੂਜੀਆਂ ਪਾਰਟੀਆਂ ਦੇ ਦਲ-ਬਦਲੂਆਂ `ਤੇ ਨਿਰਭਰ ਕਰ ਰਹੀ ਹੈ ਪਰ ਪੰਜਾਬ ਨੇ ਵੱਖਰਾ ਰਸਤਾ ਚੁਣਿਆ ਹੈ।

ਪੰਜਾਬ ਸਰਕਾਰ ਵੱਲੋਂ ਸਰਕਾਰੀ ਖ਼ਜ਼ਾਨੇ ਦਾ ਇਕ-ਇਕ ਪੈਸਾ ਇਮਾਨਦਾਰੀ ਨਾਲ ਲੋਕਾਂ ਦੀ ਭਲਾਈ ਅਤੇ ਤਰੱਕੀ ਤੇ ਖ਼ਰਚਣ ਦੀ ਗੱਲ ਆਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ‘ਆਪ ਸਰਕਾਰ, ਪੰਜਾਬ ਵਿਕਾਸ ਦੇ ਲਈ ਨਵੇਂ ਇੰਜਣ `ਤੇ ਚੱਲ ਰਹੀ ਹੈ, ਜਦੋਂ ਕਿ ਭਾਜਪਾ, ਅਕਾਲੀ ਦਲ ਤੇ ਕਾਂਗਰਸ ਦੇ ਇੰਜਣ ਪੁਰਾਣੇ ਹੋ ਚੁੱਕੇ ਹਨ ਅਤੇ ਸੂਬੇ ਨੂੰ ਅੱਗੇ ਵਧਾਉਣ ਦੇ ਸਮਰੱਥ ਨਹੀਂ ਹਨ।

ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਕਾਲੀ ਦਲ ਖ਼ੁਦ ਇਕ ਡਾਇਨਾਸੋਰ ਹੈ, ਜਿਸ ਨੇ ਸੂਬੇ ਅਤੇ ਇਸ ਦੇ ਲੋਕਾਂ ਦੀ ਕਮਾਈ ਨੂੰ ਹੜੱਪ ਲਿਆ। ਜਿੱਥੇ ‘ਆਪਸਰਕਾਰ ਪੰਜਾਬੀ ਨੌਜਵਾਨਾਂ ਨੂੰ ਡਾਕਟਰ ਅਤੇ ਇੰਜਨੀਅਰ ਬਣਾ ਕੇ ਭਵਿੱਖ ਲਈ ਤਿਆਰ ਕਰਨ ਲਈ ਸਖ਼ਤ ਯਤਨ ਕਰ ਰਹੀ ਹੈ, ਉੱਥੇ ਅਕਾਲੀ ਦਲ ਸੂਬੇ ਦੇ ਨੌਜਵਾਨਾਂ ਨੂੰ ਡਾਇਨਾਸੋਰ ਯੁੱਗ ਵਿੱਚ ਵਾਪਸ ਖਿੱਚਣਤੇ ਤੁਲਿਆ ਹੋਇਆ ਹੈ।”

ਉਨ੍ਹਾਂ ਲੋਕਾਂ ਨੂੰ ਚੇਤੇ ਕਰਵਾਇਆ ਕਿ ਡਾਇਨਾਸੋਰ ਮਨੁੱਖਾਂ ਲਈ ਘਾਤਕ ਸਨ। ਉਨ੍ਹਾਂ ਕਿਹਾ ਕਿ ਡਾਇਨਾਸੋਰ ਅਕਾਲੀਆਂ ਦਾ ਪਸੰਦੀਦਾ ਜਾਨਵਰ ਹੈ ਕਿਉਂਕਿ ਅਕਾਲੀਆਂ ਨੇ ਵੀ ਪੰਜਾਬ ਤੇ ਪੰਜਾਬੀਆਂ ਦੀ ਮਿਹਨਤ ਦੀ ਕਮਾਈ ਖਾਧੀ ਹੈ। ਉਨ੍ਹਾਂ ਕਿਹਾ, “ਲੋਕ ਕਦੇ ਵੀ ਅਜਿਹੇ ਆਗੂਆਂ ਨੂੰ ਨਹੀਂ ਚੁਣਨਗੇ, ਜਿਨ੍ਹਾਂ ਨੇ ਸੂਬੇ ਨੂੰ ਬਰਬਾਦ ਕੀਤਾ ਹੈ ਅਤੇ ਆਪਣੀਆਂ ਘਿਨਾਉਣੀਆਂ ਹਰਕਤਾਂ ਨਾਲ ਸਾਡੀਆਂ ਪੀੜ੍ਹੀਆਂ ਨੂੰ ਹੜੱਪ ਲਿਆ ਹੈ।”

ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਤੇ ਵਿਅੰਗ ਕਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀ ਦਲ ਦੀ ਇਸ ਚਾਲ ਦਾ ਅਸਲੀ ਨਾਮ ‘ਪਰਿਵਾਰ ਬਚਾਓ ਯਾਤਰਾ ਹੈ। ਉਨ੍ਹਾਂ ਕਿਹਾ, “ਮੈਂ ਅਕਾਲੀ ਆਗੂਆਂ ਨੂੰ ਚੁਣੌਤੀ ਦਿੰਦਾ ਹਾਂ ਕਿ ਉਹ ਇਹ ਦੱਸਣ ਕਿ 15 ਸਾਲ ਸੂਬੇ ਨੂੰ ਲੁੱਟਣ ਤੋਂ ਬਾਅਦ ਉਹ ਸੂਬੇ ਨੂੰ ਕਿਸ ਤੋਂ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਲੋਕਾਂ ਨੇ ਅਕਾਲੀਆਂ ਨੂੰ ਚੁਣਿਆ ਸੀ ਪਰ ਉਹ ਗੱਦਾਰ ਸਾਬਤ ਹੋਏ ਅਤੇ ਹਮੇਸ਼ਾ ਸੂਬੇ ਅਤੇ ਇਸ ਦੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਚੇਤੇ ਕਰਵਾਇਆ ਕਿ ਜਦੋਂ ਸਮੁੱਚੀ ਕਿਸਾਨੀ ਆਪਣੇ ਹੱਕਾਂ ਲਈ ਲੜ ਰਹੀ ਸੀ ਤਾਂ ਅਕਾਲੀਆਂ ਨੇ ਕੇਂਦਰੀ ਮੰਤਰੀ ਮੰਡਲ ਵਿੱਚ ਆਪਣੀ ਕੁਰਸੀ ਬਚਾਉਣ ਖ਼ਾਤਰ ਕਾਲੇ ਖੇਤੀ ਕਾਨੂੰਨਾਂ `ਤੇ ਮੋਦੀ ਸਰਕਾਰ ਦਾ ਸਮਰਥਨ ਕੀਤਾ ਸੀ।

ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਆਪਣੇ ਨਿੱਜੀ ਸਿਆਸੀ ਹਿੱਤਾਂ ਲਈ ਪੰਥ ਦੀ ਦੁਰਵਰਤੋਂ ਕੀਤੀ ਹੈ, ਜਿਸ ਕਾਰਨ ਲੋਕਾਂ ਵੱਲੋਂ ਉਨ੍ਹਾਂ ਨੂੰ ਮੁਆਫ਼ ਨਹੀਂ ਕੀਤਾ ਜਾ ਸਕਦਾ। ਭਾਜਪਾ ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਕਿਹਾ ਕਿ ਭਗਵਾਂ ਪਾਰਟੀ ਚੋਣਾਂ ਜਿੱਤਣ ਦੀ ਉਮੀਦ ਵਿੱਚ ਦੂਜੀਆਂ ਪਾਰਟੀਆਂ ਦੇ ਦਲਬਦਲੂਆਂਤੇ ਨਿਰਭਰ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਭਾਜਪਾ ਦੀ ਇਹ ਰਣਨੀਤੀ ਪੰਜਾਬ ਵਿੱਚ ਕੰਮ ਨਹੀਂ ਕਰੇਗੀ ਕਿਉਂਕਿ ਦੂਜੀਆਂ ਮਸ਼ੀਨਾਂ ਦੇ ਖਰਾਬ ਹੋਏ ਪੁਰਜ਼ਿਆਂ ਵਾਲਾ ਇੰਜਣ ਜ਼ਿਆਦਾ ਦੇਰ ਨਹੀਂ ਚੱਲ ਸਕੇਗਾ।”

ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਉਨ੍ਹਾਂ ਤੋਂ ਸਾੜਾ ਰੱਖਦੀਆਂ ਹਨ ਕਿਉਂਕਿ ਉਹ ਇਹ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਇਕ ਆਮ ਆਦਮੀ ਦਾ ਪੁੱਤਰ ਸੂਬੇ ਦਾ ਸ਼ਾਸਨ ਪ੍ਰਭਾਵਸ਼ਾਲੀ ਢੰਗ ਨਾਲ ਚਲਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ, “ਰਵਾਇਤੀ ਸਿਆਸੀ ਪਾਰਟੀਆਂ ਦੇ ਲੋਕ ਵਿਰੋਧੀ ਅਤੇ ਪੰਜਾਬ ਵਿਰੋਧੀ ਰੁਖ਼ ਕਾਰਨ ਪੰਜਾਬ ਦੇ ਲੋਕਾਂ ਦਾ ਉਨ੍ਹਾਂ ਤੋਂ ਵਿਸ਼ਵਾਸ ਉੱਠ ਗਿਆ ਹੈ।”

ਉਨ੍ਹਾਂ ਦੁਹਰਾਇਆ ਕਿ ਪੁਰਾਣੇ ਸ਼ਾਸਕ ਪੰਜਾਬ ਅਤੇ ਪੰਜਾਬੀਆਂ ਨਾਲੋਂ ਆਪਣੇ ਪਰਿਵਾਰਕ ਮੈਂਬਰਾਂ ਬਾਰੇ ਵਧੇਰੇ ਚਿੰਤਤ ਸਨ, ਜਿਸ ਕਾਰਨ ਲੋਕਾਂ ਨੇ ਉਨ੍ਹਾਂ ਨੂੰ ਬਾਹਰ ਦਾ ਰਸਤਾ ਦਿਖਾਇਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਦੀ ਤਰੱਕੀ ਅਤੇ ਖ਼ੁਸ਼ਹਾਲੀ ਤੇ ਵਿਸ਼ੇਸ਼ ਧਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੂਰੇ ਸੂਬੇ ਦੇ ਸਕੂਲਾਂ ਨੂੰ ਸਿਰਫ਼ ‘ਮਿਡ-ਡੇਅ ਮੀਲ ਕੇਂਦਰਾਂ ਵਿੱਚ ਬਦਲ ਦਿੱਤਾ ਸੀ ਪਰ ਹੁਣ ਇਨ੍ਹਾਂ ਸਕੂਲਾਂ ਨੂੰ ਸਿੱਖਿਆ ਦੇ ਕੇਂਦਰਾਂ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦਾਅਵਾ ਕੀਤਾ, “ਆਪ ਸਰਕਾਰ ਸੂਬੇ ਵਿੱਚ ਸਿੱਖਿਆ ਨੂੰ ਹੁਲਾਰਾ ਦੇਣ ਅਤੇ ਗਰੀਬ ਵਿਦਿਆਰਥੀਆਂ ਤੱਕ ਮਿਆਰੀ ਸਿੱਖਿਆ ਦੀ ਪਹੁੰਚ ਯਕੀਨੀ ਬਣਾਉਣ ਦੇ ਮਿਸ਼ਨ `ਤੇ ਕੰਮ ਕਰ ਰਹੀ ਹੈ।”

ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਮਿਆਰੀ ਸਿੱਖਿਆ ਦੇਣ ਲਈ ਸੂਬੇ ਵਿੱਚ 118 ਸਕੂਲ ਆਫ ਐਮੀਨੈਂਸ ਸਥਾਪਿਤ ਕੀਤੇ ਗਏ ਹਨ ਅਤੇ ਅਧਿਆਪਕਾਂ ਦਾ ਅਧਿਆਪਨ ਹੁਨਰ ਤਰਾਸ਼ਣ ਲਈ ਸਿਖਲਾਈ ਵਾਸਤੇ ਫਿਨਲੈਂਡ ਅਤੇ ਸਿੰਗਾਪੁਰ ਭੇਜਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕਾਂਗਰਸ ਅਤੇ ਅਕਾਲੀਆਂ ਦਾ ਸਿਰਫ਼ ਚਾਰ ਨੁਕਾਤੀ ਏਜੰਡਾ ਹੈ, ਜੋ ਆਪਣੀ, ਆਪਣੇ ਪੁੱਤਰਾਂ, ਜੀਜੇ ਅਤੇ ਸਾਲੇ ਦੀ ਭਲਾਈ ਯਕੀਨੀ ਬਣਾਉਣਾ ਹੈ। ਸਿੱਖਿਆ ਤਰੱਕੀ ਦੀ ਕੁੰਜੀ ਹੈ, ਸਾਡੀ ਸਰਕਾਰ ਨੇ ਇਸ ਖੇਤਰ ਦੇ ਵਿਕਾਸ `ਤੇ ਜ਼ੋਰ ਦਿੱਤਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਕੋਈ ਵਿਅਕਤੀ ਆਪਣੀ ਦੌਲਤ ਨਾਲ ਨਹੀਂ, ਸਗੋਂ ਆਪਣੇ ਬੱਚਿਆਂ ਦੀ ਸਿੱਖਿਆ ਦੇ ਸਰਮਾਏ ਨਾਲ ਅਮੀਰ ਕਹਾਏਗਾ।”

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਖ਼ਜ਼ਾਨੇ ਦਾ ਇੱਕ-ਇੱਕ ਪੈਸਾ ਸੂਬੇ ਦੇ ਲੋਕਾਂ ਦੀ ਭਲਾਈ ਲਈ ਸਮਝਦਾਰੀ ਨਾਲ ਵਰਤ ਰਹੀ ਹੈ। ਉਨ੍ਹਾਂ ਕਿਹਾ, “ਪੰਜਾਬ ਦੇ 90 ਫੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ, ਇੱਥੋਂ ਤੱਕ ਕਿ ਕਿਸਾਨਾਂ ਨੂੰ ਵੀ ਦਿਨ ਵੇਲੇ ਬਿਜਲੀ ਮਿਲ ਰਹੀ ਹੈ, ਜੋ ਬੇਮਿਸਾਲ ਹੈ। ਅਜਿਹੇ ਸਮੇਂ ਵਿੱਚ ਜਦੋਂ ਕੇਂਦਰ ਸਰਕਾਰ ਵੱਲੋਂ ਦੇਸ਼ ਦੀਆਂ ਜਾਇਦਾਦਾਂ ਆਪਣੇ ਚਹੇਤਿਆਂ ਨੂੰ ਮਾਮੂਲੀ ਕੀਮਤਾਂ `ਤੇ ਦਿੱਤੀਆਂ ਜਾ ਰਹੀਆਂ ਹਨ, ਪੰਜਾਬ ਸਰਕਾਰ ਨੇ ਇਕ ਨਿੱਜੀ ਥਰਮਲ ਪਲਾਂਟ ਖਰੀਦ ਕੇ ਇਤਿਹਾਸ ਰਚਿਆ ਹੈ।”

ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੰਜਾਬ ਵਿੱਚ 881 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਅਤੇ ਸਰਕਾਰੀ ਹਸਪਤਾਲਾਂ ਵਿੱਚ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਦੋਂ ਸੂਬਾ ਸਰਕਾਰ ਨੇ ਸੱਤਾ ਸੰਭਾਲੀ ਸੀ, ਉਸ ਸਮੇਂ ਸੂਬੇ ਵਿੱਚ 21 ਫੀਸਦੀ ਨਹਿਰੀ ਪਾਣੀ ਹੀ ਸਿੰਚਾਈ ਲਈ ਵਰਤਿਆ ਜਾ ਰਿਹਾ ਸੀ। ਇਹ ਬਹੁਤ ਮਾਣ ਦੀ ਗੱਲ ਹੈ ਕਿ ਅੱਜ 68 ਫੀਸਦੀ ਨਹਿਰੀ ਪਾਣੀ ਸਿੰਚਾਈ ਲਈ ਵਰਤਿਆ ਜਾ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ 6,900 ਕਿਲੋਮੀਟਰ ਲੰਮੇ 18,349 ਖਾਲਿਆਂ ਨੂੰ ਮੁੜ ਬਹਾਲ ਕੀਤਾ ਗਿਆ ਹੈ ਤਾਂ ਜੋ ਟੇਲਾਂ ‘ਤੇ ਪਾਣੀ ਮੁਹੱਈਆ ਕਰਵਾਇਆ ਜਾ ਸਕੇ ਜਿਸ ਨਾਲ ਕਿਸਾਨਾਂ ਨੂੰ ਬਹੁਤ ਫਾਇਦਾ ਹੋ ਰਿਹਾ ਹੈ। ਉਨ੍ਹਾਂ ਕਿਹਾ, “ਲੋਕਾਂ ਨੂੰ ਵਿਆਪਕ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਹੈ ਜੋ ਕਿ ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਯੋਜਨਾ ਹੈ। ਇਹ ਯੋਜਨਾ ਪੰਜਾਬ ਦੇ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਡਾਕਟਰੀ ਇਲਾਜ ਪ੍ਰਦਾਨ ਕਰਦੀ ਹੈ। ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੰਜਾਬ ਅਜਿਹਾ ਵਿਆਪਕ ਸਿਹਤ ਸੰਭਾਲ ਸਹੂਲਤ ਦੇਣ ਵਾਲਾ ਪਹਿਲਾ ਭਾਰਤੀ ਸੂਬਾ ਹੈ, ਜਿਸ ਨੇ ਮਿਆਰੀ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਂਦੇ ਹੋਏ ਲੋਕਾਂ ‘ਤੇ ਵਿੱਤੀ ਬੋਝ ਨੂੰ ਕਾਫ਼ੀ ਹੱਦ ਤੱਕ ਘਟਾ ਦਿੱਤਾ ਹੈ।”
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ “ਪੰਜਾਬ ਦੇ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਜਾਂ ਸਿਫਾਰਸ਼ ਦੇ 63,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ ਜਿਸ ਨਾਲ ਸਮਾਜ ਦਾ ਹਰ ਵਰਗ ਖੁਸ਼ ਹੈ।”
ਮੁੱਖ ਮੰਤਰੀ ਨੇ ਕਿਹਾ ਕਿ ਭੋਜਨ ਅਤੇ ਪੋਸ਼ਣ ਸੁਰੱਖਿਆ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਇਤਿਹਾਸਕ ਪਹਿਲਕਦਮੀ ਕਰਦਿਆਂ ਸੂਬਾ ਸਰਕਾਰ ਨੇ ‘ਮੇਰੀ ਰਸੋਈ ਯੋਜਨਾ’ ਸ਼ੁਰੂ ਕੀਤੀ ਹੈ। “ਇਸ ਯੋਜਨਾ ਤਹਿਤ 40 ਲੱਖ ਪਰਿਵਾਰਾਂ ਨੂੰ ਅਪ੍ਰੈਲ ਤੋਂ ਹਰੇਕ ਤਿਮਾਹੀ ਮੁਫ਼ਤ ਰਾਸ਼ਨ ਕਿੱਟਾਂ ਮਿਲਣਗੀਆਂ ਅਤੇ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ (ਐਨ.ਐਫ.ਐਸ.ਏ.) ਅਧੀਨ ਕਣਕ ਵੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮਿਹਨਤੀ ਕਿਸਾਨਾਂ ਨੇ ਇਹ ਯਕੀਨੀ ਬਣਾਉਣ ਲਈ ਅਣਥੱਕ ਮਿਹਨਤ ਕੀਤੀ ਹੈ ਕਿ ਦੇਸ਼ ਵਿੱਚ ਕੋਈ ਵੀ ਭੁੱਖਾ ਨਾ ਸੌਂਵੇ ਅਤੇ ਸਾਡਾ ਸੂਬਾ ਹਮੇਸ਼ਾ ਦੇਸ਼ ਨੂੰ ਅਨਾਜ ਦੇਣ ਵਿੱਚ ਮੋਹਰੀ ਰਿਹਾ ਹੈ। ਹਾਲਾਂਕਿ, ਪੰਜਾਬ ਵਿੱਚ ਅਜੇ ਵੀ ਕੁਝ ਪਰਿਵਾਰ ਹਨ ਜੋ ਰੋਜ਼ਾਨਾ ਰੋਜ਼ੀ-ਰੋਟੀ ਲਈ ਸੰਘਰਸ਼ ਕਰਦੇ ਹਨ।”
ਮੁੱਖ ਮੰਤਰੀ ਨੇ ਕਿਹਾ, “ਇਸ ਯੋਜਨਾ ਤਹਿਤ ਪੰਜਾਬ ਸਰਕਾਰ 40 ਲੱਖ ਪਰਿਵਾਰਾਂ ਨੂੰ ਭੋਜਨ ਕਿੱਟਾਂ ਪ੍ਰਦਾਨ ਕਰੇਗੀ ਅਤੇ ਹਰੇਕ ਕਿੱਟ ਵਿੱਚ ਮਹੀਨਾਵਾਰ ਖਪਤ ਲਈ ਦੋ ਕਿਲੋ ਦਾਲ, ਦੋ ਕਿਲੋ ਖੰਡ, ਇਕ ਕਿਲੋ ਲੂਣ, 200 ਗ੍ਰਾਮ ਹਲਦੀ ਪਾਊਡਰ ਅਤੇ ਇਕ ਲੀਟਰ ਸਰ੍ਹੋਂ ਦਾ ਤੇਲ ਹੋਵੇਗਾ। ਇਹ ਭੋਜਨ ਕਿੱਟਾਂ ਐਨ.ਐਫ.ਐਸ.ਏ. ਅਧੀਨ ਯੋਗ ਲਾਭਪਾਤਰੀਆਂ ਨੂੰ ਪਹਿਲਾਂ ਹੀ ਵੰਡੀ ਜਾ ਰਹੀ ਕਣਕ ਤੋਂ ਇਲਾਵਾ ਪ੍ਰਦਾਨ ਕੀਤੀਆਂ ਜਾਣਗੀਆਂ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਖੇਤਰ ਦੇ ਧੰਨਵਾਦੀ ਹਨ, ਜਿਸ ਨੇ ਹਮੇਸ਼ਾ ਇਕ ਕਲਾਕਾਰ ਵਜੋਂ ਅਤੇ ਹੁਣ ਇਕ ਸਿਆਸਤਦਾਨ ਵਜੋਂ ਉਨ੍ਹਾਂ ਨੂੰ ਬਹੁਤ ਪਿਆਰ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ, “ਮੈਂ ਇਸ ਪਿਆਰ ਲਈ ਹਮੇਸ਼ਾ ਇਸ ਖੇਤਰ ਦੇ ਲੋਕਾਂ ਦਾ ਰਿਣੀ ਰਹਾਂਗਾ। ਇਸ ਖੇਤਰ ਨੂੰ ਪਹਿਲਾਂ ਪਛੜਿਆ ਖੇਤਰ ਕਿਹਾ ਜਾਂਦਾ ਸੀ ਅਤੇ ਇੱਥੋਂ ਤੱਕ ਕਿ ਸੂਬਾ ਸਰਕਾਰ ਵੀ ਇਸ ਲਈ ਸਰਟੀਫਿਕੇਟ ਜਾਰੀ ਕਰਦੀ ਸੀ ਅਤੇ ਇਸ ਖੇਤਰ ਦੀ ਤਰੱਕੀ ‘ਤੇ ਕੋਈ ਧਿਆਨ ਨਹੀਂ ਦਿੱਤਾ ਜਾਂਦਾ ਸੀ। ‘ਆਪ’ ਸਰਕਾਰ ਵਿਕਾਸ ਪ੍ਰੋਜੈਕਟ ਸ਼ੁਰੂ ਕਰਕੇ ਇਸ ਇਲਾਕੇ ਤੋਂ ਪੱਛੜੇਪਣ ਦੇ ਸਿਰਨਾਵੇਂ ਨੂੰ ਹਟਾਉਣ ਲਈ ਸਖ਼ਤ ਮਿਹਨਤ ਕਰ ਰਹੀ ਹੈ। ਨੌਜਵਾਨਾਂ ਨੂੰ ਹੁਨਰ-ਅਧਾਰਿਤ ਸਿਖਲਾਈ ਅਤੇ ਤਕਨੀਕੀ ਕੋਰਸ ਪ੍ਰਦਾਨ ਕਰਨ ਲਈ ਪਿੰਡ ਫਤਿਹਗੜ੍ਹ ਸਾਹਨੇਵਾਲੀ ਵਿੱਚ ਸਰਕਾਰੀ ਆਈ.ਟੀ.ਆਈ. ਦਾ ਨੀਂਹ ਪੱਥਰ ਰੱਖਿਆ ਗਿਆ ਹੈ।”
ਮੁੱਖ ਮੰਤਰੀ ਨੇ ਇਸ ਪ੍ਰੋਜੈਕਟ ਲਈ ਪੰਜ ਏਕੜ ਜ਼ਮੀਨ ਮੁਫਤ ਦੇਣ ਲਈ ਫਤਿਹਗੜ੍ਹ ਸਾਹਨੇਵਾਲੀ ਪੰਚਾਇਤ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਆਈ.ਟੀ.ਆਈ. ਦੀ ਉਸਾਰੀ, ਸਟਾਫ ਦੀ ਭਰਤੀ, ਬੁਨਿਆਦੀ ਢਾਂਚਾ ਅਤੇ ਹੋਰ ਖਰਚਿਆਂ ‘ਤੇ ਲਗਭਗ 24.50 ਕਰੋੜ ਰੁਪਏ ਖਰਚ ਆਉਣਗੇ। ਉਨ੍ਹਾਂ ਕਿਹਾ, “240 ਵਿਦਿਆਰਥੀਆਂ ਦੀ ਸਮਰੱਥਾ ਵਾਲੀ ਇਹ ਸੰਸਥਾ ਪੰਜ ਟਰੇਡਾਂ ਜਿਵੇਂ ਇਲੈਕਟ੍ਰੀਸ਼ੀਅਨ, ਮਕੈਨਿਕ ਇਲੈਕਟ੍ਰਿਕ ਵਾਹਨ, ਰੈਫ੍ਰੀਜ੍ਰੇਸ਼ਨ ਅਤੇ ਏਅਰ ਕੰਡੀਸ਼ਨਰ ਟੈਕਨੀਸ਼ੀਅਨ, ਇੰਡਸਟਰੀਅਲ ਰੋਬੌਟਿਕਸ ਅਤੇ ਡਿਜੀਟਲ ਮੈਨੂਫੈਕਚਰਿੰਗ ਟੈਕਨੀਸ਼ੀਅਨ ਅਤੇ ਸੀ.ਐਨ.ਸੀ. ਮਸ਼ੀਨਿੰਗ ਟੈਕਨੀਸ਼ੀਅਨ ਵਿੱਚ ਸਿਖਲਾਈ ਪ੍ਰਦਾਨ ਕਰੇਗੀ। ਇਸ ਆਈ.ਟੀ.ਆਈ. ਨਾਲ ਖੇਤਰ ਦੇ ਪੇਂਡੂ ਨੌਜਵਾਨਾਂ ਨੂੰ ਆਪਣੇ ਘਰਾਂ ਦੇ ਨੇੜੇ ਹੁਨਰ ਅਧਾਰਿਤ ਸਿੱਖਿਆ ਦਾ ਮੌਕਾ ਮਿਲੇਗਾ।”
ਇਸੇ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 17.31 ਕਰੋੜ ਰੁਪਏ ਦੀ ਲਾਗਤ ਨਾਲ ਦੋ ਨਵੇਂ ਪੁਲ ਬਣ ਰਹੇ ਹਨ, ਜਿਸ ਨਾਲ ਘੱਗਰ ਨਦੀ ਦੇ ਨਾਲ ਲੱਗਦੇ ਸਰਦੂਲਗੜ੍ਹ ਹਲਕੇ ਦੇ ਲਗਭਗ 27 ਪਿੰਡਾਂ ਦੇ ਵਸਨੀਕਾਂ ਨੂੰ ਨਦੀ ਪਾਰ ਕਰਨ ਲਈ ਲੰਮਾ ਰਸਤਾ ਤੈਅ ਕਰਨਾ ਪੈਂਦਾ ਸੀ। ਉਨ੍ਹਾਂ ਅੱਗੇ ਕਿਹਾ ਕਿ ਇਸ ਸਮੱਸਿਆ ਦੇ ਹੱਲ ਲਈ ਪਿੰਡ ਭਲੂਆਣਾ ਵਿਖੇ 12.03 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਪੁਲ ਬਣਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਪਿੰਡ ਬਾਰਨ ਵਿਖੇ 5.28 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਸਟੀਲ ਪੁਲ ਬਣਾਇਆ ਜਾ ਰਿਹਾ ਹੈ, ਜਿਸ ਨਾਲ ਲੋਕਾਂ ਦਾ ਵਾਧੂ ਸਫ਼ਰ 5 ਤੋਂ 9 ਕਿਲੋਮੀਟਰ ਤੱਕ ਘਟ ਜਾਵੇਗਾ।
ਉਨ੍ਹਾਂ ਅੱਗੇ ਕਿਹਾ ਕਿ ਸਰਦੂਲਗੜ੍ਹ ਦੇ ਵਸਨੀਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸ਼ਹਿਰ ਵਿੱਚ 39 ਲੱਖ ਰੁਪਏ ਦੀ ਲਾਗਤ ਨਾਲ ਆਮ ਆਦਮੀ ਕਲੀਨਿਕ ਖੋਲ੍ਹਿਆ ਜਾ ਰਿਹਾ ਹੈ ਜਿਸ ਵਿੱਚ 107 ਕਿਸਮਾਂ ਦੀਆਂ ਮੁਫ਼ਤ ਦਵਾਈਆਂ ਅਤੇ 47 ਕਿਸਮਾਂ ਦੇ ਮੁਫ਼ਤ ਟੈਸਟ ਕੀਤੇ ਜਾਣਗੇ। ਉਨ੍ਹਾਂ ਕਿਹਾ, “ਪਿੰਡ ਭਗਵਾਨਪੁਰ ਹਿੰਗਾ ਵਿਖੇ 55 ਲੱਖ ਰੁਪਏ ਦੀ ਲਾਗਤ ਨਾਲ ਹੈਲਥ ਐਂਡ ਵੈਲਨੇਸ ਕਲੀਨਿਕ ਬਣਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਦੂਲਗੜ੍ਹ ਸਬ-ਡਵੀਜ਼ਨਲ ਹਸਪਤਾਲ ਦੇ ਨਾਲ 49 ਲੱਖ ਰੁਪਏ ਦੀ ਲਾਗਤ ਨਾਲ ਬਲਾਕ ਪਬਲਿਕ ਹੈਲਥ ਯੂਨਿਟ ਬਣਾਇਆ ਜਾਵੇਗਾ, ਜੋ ਇੱਕ ਛੱਤ ਹੇਠ ਲੈਬ ਸੇਵਾਵਾਂ ਪ੍ਰਦਾਨ ਕਰੇਗਾ, ਨਾਲ ਹੀ ਇਕ ਡਾਟਾ ਸੈਂਟਰ ਅਤੇ ਐਸ.ਐਮ.ਓ. ਮੀਟਿੰਗ-ਕਮ-ਕਾਨਫਰੰਸ ਹਾਲ ਵੀ ਹੋਵੇਗਾ।”
ਮੁੱਖ ਮੰਤਰੀ ਨੇ ਕਿਹਾ ਕਿ 1.25 ਕਰੋੜ ਰੁਪਏ ਮਾਈਨਰ ਕੰਕਰੀਟ ਲਾਈਨਿੰਗ ‘ਤੇ ਖਰਚ ਕੀਤੇ ਜਾ ਰਹੇ ਹਨ, ਇਕ ਕਰੋੜ ਰੁਪਏ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਚਰਨ ਛੋਹ ਪ੍ਰਾਪਤ ਦੋ ਪਿੰਡਾਂ ਦੇ ਵਿਕਾਸ ਪ੍ਰੋਜੈਕਟਾਂ ਲਈ ਖਰਚ ਕੀਤੇ ਜਾ ਰਹੇ ਹਨ। ਦਾਨੇਵਾਲਾ ਵਿਖੇ 2.33 ਕਰੋੜ ਰੁਪਏ ਖਰਚ ਕੇ 66 ਕੇ.ਵੀ. ਗਰਿੱਡ ਦੀ ਸਮਰੱਥਾ 12.5 ਐਮ.ਵੀ.ਏ. ਵਧਾ ਕੇ 20 ਐਮ.ਵੀ.ਏ. ਕੀਤੀ ਗਈ ਹੈ ਜਿਸ ਨਾਲ 2.33 ਕਰੋੜ ਰੁਪਏ ਦੀ ਲਾਗਤ ਨਾਲ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾ ਸਕੇਗੀ ਅਤੇ ਖਾਸ ਕਰਕੇ ਝੋਨੇ ਦੇ ਸੀਜ਼ਨ ਦੌਰਾਨ ਕਿਸਾਨ ਭਾਈਚਾਰੇ ਨੂੰ ਵੱਡਾ ਫਾਇਦਾ ਹੋਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਮਾਨਸਾ-ਤਲਵੰਡੀ ਸਾਬੋ ਸੜਕ ਨੂੰ 31.20 ਕਰੋੜ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤਾ ਜਾ ਰਿਹਾ ਹੈ, 33.07 ਕਰੋੜ ਰੁਪਏ ਨਵੇਂ ਖਾਲਿਆਂ ਦੇ ਨਿਰਮਾਣ ‘ਤੇ ਖਰਚ ਕੀਤੇ ਜਾ ਰਹੇ ਹਨ ਅਤੇ 12.83 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਝੰਡਾ ਕਲਾਂ, ਉੱਲਕ ਅਤੇ ਬਣਵਾਲਾ ਨਵਾਂ ਵਿੱਚ ਨਵੇਂ ਗਰਿੱਡ ਸਥਾਪਤ ਕੀਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸਰਦੂਲਗੜ੍ਹ ਸ਼ਹਿਰ ਵਿੱਚ ਨਵੀਆਂ ਸੀਵਰੇਜ ਪਾਈਪਲਾਈਨਾਂ ਵਿਛਾਉਣ ਲਈ 14.76 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ ਜਿਸ ਨਾਲ 24.80 ਕਿਲੋਮੀਟਰ ਸੀਵਰੇਜ ਸਿਸਟਮ ਪਾਉਣ ਦੇ ਨਾਲ-ਨਾਲ ਸਬੰਧਤ ਪ੍ਰੋਜੈਕਟਾਂ ਮੁਕੰਮਲ ਕੀਤੇ ਜਾਣਗੇ। ਉਨ੍ਹਾਂ ਨੇ ਸਰਦੂਲਗੜ੍ਹ ਦੇ ਸਰਕਾਰੀ ਹਸਪਤਾਲ ਨੂੰ 100 ਬਿਸਤਰਿਆਂ ਵਾਲੇ ਹਸਪਤਾਲ ਵਿੱਚ ਅਪਗ੍ਰੇਡ ਕਰਨ ਦਾ ਵੀ ਐਲਾਨ ਕੀਤਾ ਤਾਂ ਜੋ ਲੋਕਾਂ ਨੂੰ ਮਿਆਰੀ ਇਲਾਜ ਮਿਲ ਸਕੇ।
ਆਪਣੇ ਸੰਬੋਧਨ ਵਿੱਚ ਸੀਨੀਅਰ ‘ਆਪ’ ਆਗੂ ਅਤੇ ਪੰਜਾਬ ਦੇ ਪਾਰਟੀ ਇੰਚਾਰਜ ਮਨੀਸ਼ ਸਿਸੋਦੀਆ ਨੇ ਕਿਹਾ, “ਇਹ ਬਹੁਤ ਮਾਣ ਤੇ ਸੰਤੁਸ਼ਟੀ ਦੀ ਗੱਲ ਹੈ ਕਿ ਇਸ ਮਹੱਤਵਪੂਰਨ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ ਹੈ। ਇਹ ਪ੍ਰੋਜੈਕਟ ਪੂਰੇ ਖੇਤਰ ਦੇ ਆਰਥਿਕ ਵਿਕਾਸ ਅਤੇ ਖੁਸ਼ਹਾਲੀ ਨੂੰ ਹੁਲਾਰਾ ਦੇਵੇਗਾ। ਅਸੀਂ ਇਮਾਨਦਾਰੀ ਅਤੇ ਕੰਮ ਦੀ ਰਾਜਨੀਤੀ ‘ਤੇ ਚੱਲ ਰਹੇ ਹਾਂ ਅਤੇ ਨਕਾਰਾਤਮਕ ਏਜੰਡੇ ਨੂੰ ਲੋਕ ਮੂੰਹ ਨਹੀਂ ਲਾਉਣਗੇ।”
ਇਕੱਠ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, “ਸਾਲ 2022 ਦਾ ਫਤਵਾ ਆਮ ਲੋਕਾਂ ਦੀ ਭਲਾਈ ਲਈ ਸਿਹਤ ਅਤੇ ਸਿੱਖਿਆ ਦੇ ਏਜੰਡੇ ਦੇ ਹੱਕ ਵਿੱਚ ਸੀ। ਆਈ.ਟੀ.ਆਈ. ਆਮ ਆਦਮੀ ਦੇ ਬੱਚਿਆਂ ਲਈ ਰੁਜ਼ਗਾਰ ਦੇ ਨਵੇਂ ਰਸਤੇ ਖੋਲ੍ਹੇਗੀ। ਸੂਬਾ ਸਰਕਾਰ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਲਈ ਵਚਨਬੱਧ ਹੈ।”
ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਗੁਰਮੀਤ ਸਿੰਘ ਖੁੱਡੀਆਂ, ਸੀਨੀਅਰ ‘ਆਪ’ ਆਗੂ ਅਤੇ ਪੰਜਾਬ ਦੇ ਪਾਰਟੀ ਇੰਚਾਰਜ ਮਨੀਸ਼ ਸਿਸੋਦੀਆ ਅਤੇ ਹੋਰ ਵੀ ਮੌਜੂਦ ਸਨ।

ਜਬਰੀ ਵਸੂਲੀ ਨਾਲ ਸਬੰਧਤ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਦੋ BKI ਕਾਰਕੁਨ ਗ੍ਰਿਫ਼ਤਾਰ; ਪਿਸਤੌਲ ਬਰਾਮਦ



ਚੰਡੀਗੜ੍ਹ/ਜਲੰਧਰ, 24 ਫਰਵਰੀ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਨੇ ਜਬਰੀ ਵਸੂਲੀ ਨਾਲ ਸਬੰਧਤ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਵੱਲੋਂ ਸਮਰਥਤ ਇੱਕ ਮਾਡਿਊਲ ਦੇ ਦੋ ਮੁੱਖ ਕਾਰਕੁਨਾਂ ਨੂੰ  ਇੱਕ .32 ਬੋਰ ਪਿਸਤੌਲ, ਮੈਗਜ਼ੀਨ ਅਤੇ ਅੱਠ ਕਾਰਤੂਸਾਂ ਸਮੇਤ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਵਿੰਦਰ ਸਿੰਘ ਉਰਫ਼ ਸੰਨੀ ਅਤੇ ਰਾਵਲ ਦੋਵੇਂ ਵਾਸੀ ਪਿੰਡ ਕੁਲਮ, ਐਸਬੀਐਸ ਨਗਰ ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਆਪਣੇ ਵਿਦੇਸ਼ੀ ਹੈਂਡਲਰਾਂ – ਗੋਪੀ ਨਵਾਸ਼ਹਿਰੀਆ, ਜੱਸੀ ਕੁਲਮ ਅਤੇ ਸੁਸ਼ਾਂਤ ਚੋਪੜਾ – ਜੋ ਬੀਕੇਆਈ ਨਾਲ ਜੁੜੇ ਹੋਏ ਹਨ, ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਜਾਂਚ ਮੁਤਾਬਕ, ਮੁਲਜ਼ਮਾਂ ਨੇ ਜਬਰੀ ਵਸੂਲੀ ਲਈ ਗੜ੍ਹਸ਼ੰਕਰ ਖੇਤਰ ਵਿੱਚ ਇੱਕ ਟ੍ਰੈਵਲ ਏਜੰਟ ਦੇ ਘਰ ‘ਤੇ ਦੋ ਵਾਰ ਗੋਲੀਬਾਰੀ ਕੀਤੀ ਸੀ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਉਨ੍ਹਾਂ ਦੱਸਿਆ ਕਿ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਸੀਆਈ ਜਲੰਧਰ ਦੀਆਂ ਟੀਮਾਂ ਨੇ ਜਲੰਧਰ-ਅੰਮ੍ਰਿਤਸਰ ਹਾਈਵੇਅ ਤੋਂ ਜਲੰਧਰ ਦੇ ਸੁਰਾਨੱਸੀ ਵਿਖੇ ਲਿਧੜਾਂ ਅੰਡਰਬ੍ਰਿਜ ਨੇੜਿਓਂ ਬੀਕੇਆਈ ਨਾਲ ਜੁੜੇ ਦੋਵਾਂ ਮੁਲਜ਼ਮਾਂ ਨੂੰ ਹਥਿਆਰ ਸਮੇਤ ਗ੍ਰਿਫ਼ਤਾਰ ਕਰ ਲਿਆ।

ਡੀਜੀਪੀ ਨੇ ਦੱਸਿਆ ਕਿ ਇਸ ਮਾਡਿਊਲ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਇਸ ਦੇ ਹੋਰ ਮੈਂਬਰਾਂ ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧੀ, ਐਫਆਈਆਰ ਨੰਬਰ 11, ਮਿਤੀ 23.02.2026 ਨੂੰ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 111 ਅਤੇ 61 (2) ਅਤੇ ਅਸਲਾ ਐਕਟ ਦੀ ਧਾਰਾ 25 ਅਤੇ 25(1-ਬੀ) (ਏ) ਤਹਿਤ ਦਰਜ ਕੀਤੀ ਗਈ ਹੈ।

ਕੇਂਦਰ ਸਰਕਾਰ ਨੇ ‘ਕੇਰਲਾ’ ਦਾ ਬਦਲਿਆ ਨਾਮ

ਨਵੀਂ ਦਿੱਲੀ, 24 ਫਰਵਰੀ :

ਕੇਂਦਰ ਸਰਕਾਰ ਵੱਲੋਂ ਕੇਰਲਾ ਦਾ ਨਾਮ ਬਦਲਣ ਉਤੇ ਮੋਹਰ ਲਗਾ ਦਿੱਤੀ ਗਈ ਹੈ। ਕੇਂਦਰ ਸਰਕਾਰ ਕੇਰਲਾ ਦਾ ਨਾਮ ਬਦਲਕੇ ਕੇਰਲਮ ਕਰ ਦਿੱਤਾ ਹੈ। ਮੰਤਰੀ ਮੰਡਲ ਦੀ ਮੀਟਿੰਗ ਵਿਚ ਇਹ ਫੈਸਲਾ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਰਾਜ ਵਿਧਾਨ ਸਭਾ ਪਹਿਲਾਂ ਹੀ ਅਧਿਕਾਰਤ ਰਿਕਾਰਡ ਵਿਚ ਨਾਮ ਬਦਲਣ ਦਾ ਪ੍ਰਸਤਾਵ ਪਾਸ ਕਰ ਚੁੱਕੀ ਹੈ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟਨੇ ਅੱਜ ‘ਕੇਰਲ ਰਾਜ ਦਾ ਨਾਮ ਬਦਲ ਕੇ ‘ ਕੇਰਲਮ’(Keralam) ਕਰਨ ਦੇ ਪ੍ਰਸਤਾਵ ਨੂੰ ਪ੍ਰਵਾਨਗੀ ਦੇ ਦਿੱਤੀ।

ਕੇਂਦਰੀ ਕੈਬਨਿਟ ਦੀ ਪ੍ਰਵਾਨਗੀ ਤੋਂ ਬਾਅਦ, ਭਾਰਤ ਦੇ ਰਾਸ਼ਟਰਪਤੀ ਕੇਰਲ (ਨਾਮ ਬਦਲਣ ਬਾਰੇ) ਬਿੱਲ, 2026 ਨੂੰ ਭਾਰਤ ਦੇ ਸੰਵਿਧਾਨ ਦੇ ਅਨੁਛੇਦ 3 ਦੇ ਅਨੁਸਾਰ ਵਿਚਾਰ ਪ੍ਰਗਟ ਕਰਨ ਲਈ ਕੇਰਲ ਰਾਜ ਵਿਧਾਨ ਸਭਾ ਨੂੰ ਭੇਜਣਗੇ। ਕੇਰਲ ਰਾਜ ਵਿਧਾਨ ਸਭਾ ਤੋਂ ਵਿਚਾਰ ਪ੍ਰਾਪਤ ਹੋਣ ਤੋਂ ਬਾਅਦ, ਭਾਰਤ ਸਰਕਾਰ ਅੱਗੇ ਦੀ ਕਾਰਵਾਈ ਕਰੇਗੀ ਅਤੇ ਸੰਸਦ ਵਿੱਚ ‘ਕੇਰਲ’ ਰਾਜ ਦਾ ਨਾਮ ਬਦਲ ਕੇ ‘ਕੇਰਲਮ’ ਕਰਨ ਲਈ ਕੇਰਲ (ਨਾਮ ਬਦਲਣ ਬਾਰੇ) ਬਿੱਲ, 2026 ਪੇਸ਼ ਕਰਨ ਲਈ ਰਾਸ਼ਟਰਪਤੀ ਦੀ ਸਿਫਾਰਸ਼ ਹਾਸਲ ਕੀਤੀ ਜਾਵੇਗੀ।

ਕੇਰਲ ਵਿਧਾਨ ਸਭਾ ਨੇ 24.06.2024 ਨੂੰ “ਕੇਰਲ” ਰਾਜ ਦਾ ਨਾਮ ਬਦਲ ਕੇ “ਕੇਰਲਮ” ਕਰਨ ਲਈ ਇੱਕ ਮਤਾ ਪਾਸ ਕੀਤਾ, ਜੋ ਕਿ ਇਸ ਪ੍ਰਕਾਰ ਹੈ: “ਸਾਡੇ ਰਾਜ ਦਾ ਨਾਮ ਮਲਿਆਲਮ ਭਾਸ਼ਾ ਵਿੱਚ ‘ਕੇਰਲਮ’ ਹੈ। ਰਾਜਾਂ ਦਾ ਗਠਨ 1 ਨਵੰਬਰ, 1956 ਨੂੰ ਭਾਸ਼ਾ ਦੇ ਅਧਾਰ ‘ਤੇ ਕੀਤਾ ਗਿਆ ਸੀ। ਕੇਰਲ ਪਿਰਾਵੀ (Piravi) ਦਿਵਸ ਵੀ 1 ਨਵੰਬਰ ਨੂੰ ਹੁੰਦਾ ਹੈ। ਦੇਸ਼ ਦੇ ਆਜ਼ਾਦੀ ਸੰਘਰਸ਼ ਦੇ ਸਮੇਂ ਤੋਂ, ਮਲਿਆਲਮ ਭਾਸ਼ਾ ਬੋਲਣ ਵਾਲੇ ਲੋਕਾਂ ਲਈ ਸੰਯੁਕਤ ਕੇਰਲ ਦੇ ਗਠਨ ਦੀ ਜ਼ੋਰਦਾਰ ਮੰਗ ਕੀਤੀ ਜਾ ਰਹੀ ਹੈ। ਪਰ ਸੰਵਿਧਾਨ ਦੀ ਪਹਿਲੀ ਅਨੁਸੂਚੀ ਵਿੱਚ ਸਾਡੇ ਰਾਜ ਦਾ ਨਾਮ ‘ਕੇਰਲ’ ਦਰਜ ਹੈ। ਇਹ ਵਿਧਾਨ ਸਭਾ ਸਰਬਸੰਮਤੀ ਨਾਲ ਕੇਂਦਰ ਸਰਕਾਰ ਨੂੰ ਅਪੀਲ ਕਰਦੀ ਹੈ ਕਿ ਉਹ ਸੰਵਿਧਾਨ ਦੇ ਅਨੁਛੇਦ 3 ਦੇ ਅਨੁਸਾਰ ‘ਕੇਰਲਮ’ ਨਾਮ ਨੂੰ ਸੋਧਣ ਲਈ ਤੁਰੰਤ ਕਦਮ ਚੁੱਕੇ।”

ਇਸ ਤੋਂ ਬਾਅਦ, ਕੇਰਲ ਸਰਕਾਰ ਨੇ ਭਾਰਤ ਸਰਕਾਰ ਨੂੰ ਬੇਨਤੀ ਕੀਤੀ ਹੈ ਕਿ ਉਹ ਸੰਵਿਧਾਨ ਦੇ ਅਨੁਛੇਦ 3 ਦੇ ਅਨੁਸਾਰ ‘ਕੇਰਲ’ ਰਾਜ ਦਾ ਨਾਮ ਬਦਲ ਕੇ ‘ਕੇਰਲਮ’ ਕਰਕੇ ਸੰਵਿਧਾਨ ਦੀ ਪਹਿਲੀ ਅਨੁਸੂਚੀ ਵਿੱਚ ਸੋਧ ਕਰਨ ਲਈ ਜ਼ਰੂਰੀ ਕਦਮ ਚੁੱਕਣ ਦੀ ਅਪੀਲ ਕੀਤੀ ਹੈ।

ਸੰਵਿਧਾਨ ਦੇ ਅਨੁਛੇਦ 3 ਵਿੱਚ ਮੌਜੂਦਾ ਰਾਜਾਂ ਦੇ ਨਾਮ ਬਦਲਣ ਦੀ ਵਿਵਸਥਾ ਹੈ। ਅਨੁਛੇਦ 3 ਦੇ ਅਨੁਸਾਰ, ਸੰਸਦ ਕਾਨੂੰਨ ਰਾਹੀਂ ਕਿਸੇ ਵੀ ਰਾਜ ਦਾ ਨਾਮ ਬਦਲ ਸਕਦੀ ਹੈ। ਅਨੁਛੇਦ 3 ਦੇ ਅਗਲੇ ਪ੍ਰਾਵਧਾਨ ਅਨੁਸਾਰ, ਇਸ ਮੰਤਵ ਲਈ ਕੋਈ ਵੀ ਬਿੱਲ ਸੰਸਦ ਦੇ ਕਿਸੇ ਵੀ ਸਦਨ ਵਿੱਚ ਤਦ ਤੱਕ ਪੇਸ਼ ਨਹੀਂ ਕੀਤਾ ਜਾਵੇਗਾ ਜਦ ਤੱਕ ਉਹ ਰਾਸ਼ਟਰਪਤੀ ਦੀ ਸਿਫਾਰਸ਼ ‘ਤੇ ਨਾ ਹੋਵੇ। ਅਤੇ ਜੇ ਬਿੱਲ ਵਿੱਚ ਦਿੱਤਾ ਗਿਆ ਪ੍ਰਸਤਾਵ ਕਿਸੇ ਵੀ ਰਾਜ ਦੇ ਖੇਤਰ, ਸਰਹੱਦ ਜਾਂ ਨਾਮ ਨੂੰ ਪ੍ਰਭਾਵਿਤ ਕਰਦਾ ਹੋਵੇ, ਤਾਂ ਉਸ ਬਿੱਲ ਨੂੰ ਰਾਸ਼ਟਰਪਤੀ ਵੱਲੋਂ ਉਸ ਰਾਜ ਦੀ ਵਿਧਾਨ ਸਭਾ ਕੋਲ ਉਸ ਬਾਰੇ ਆਪਣੀ ਸਲਾਹ ਪ੍ਰਗਟ ਕਰਨ ਲਈ ਭੇਜਿਆ ਜਾਵੇਗਾ, ਉਸ ਸਮੇਂ ਅੰਦਰ ਜੋ ਸੰਦਰਭ ਵਿੱਚ ਨਿਰਧਾਰਿਤ ਕੀਤਾ ਗਿਆ ਹੋਵੇ ਜਾਂ ਉਸ ਤੋਂ ਵੱਧ ਸਮਾਂ ਜੋ ਰਾਸ਼ਟਰਪਤੀ ਮਨਜ਼ੂਰ ਕਰ ਸਕਦੇ ਹਨ; ਅਤੇ ਨਿਰਧਾਰਤ ਜਾਂ ਮਨਜ਼ੂਰ ਕੀਤਾ ਗਿਆ ਸਮਾਂ ਸਮਾਪਤ ਹੋਣ ਤੋਂ ਬਾਅਦ ਹੀ ਬਿੱਲ ਪੇਸ਼ ਕੀਤਾ ਜਾਵੇਗਾ। 

‘ਕੇਰਲ’ ਰਾਜ ਦਾ ਨਾਮ ‘ਕੇਰਲਮ’ ਵਿੱਚ ਬਦਲਣ ਦੇ ਮਾਮਲੇ ‘ਤੇ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵਿੱਚ ਵਿਚਾਰ ਕੀਤਾ ਗਿਆ ਸੀ ਅਤੇ ਸ਼੍ਰੀ ਅਮਿਤ ਸ਼ਾਹ, ਕੇਂਦਰੀ ਗ੍ਰਹਿ ਮੰਤਰੀ ਅਤੇ ਕੇਂਦਰੀ ਸਹਿਕਾਰਤਾ ਮੰਤਰੀ ਦੀ ਪ੍ਰਵਾਨਗੀ ਨਾਲ, ‘ਕੇਰਲ’ ਰਾਜ ਦਾ ਨਾਮ ‘ਕੇਰਲਮ’ ਵਿੱਚ ਬਦਲਣ ਲਈ ਕੈਬਨਿਟ ਲਈ ਖਰੜਾ ਨੋਟ ਕਾਨੂੰਨੀ ਮਾਮਲਿਆਂ ਦੇ ਵਿਭਾਗ ਅਤੇ ਵਿਧਾਨਕ ਵਿਭਾਗ, ਕਾਨੂੰਨ ਅਤੇ ਨਿਆਂ ਮੰਤਰਾਲੇ ਨੂੰ ਉਨ੍ਹਾਂ ਦੀਆਂ ਟਿੱਪਣੀਆਂ ਲਈ ਭੇਜਿਆ ਗਿਆ ਸੀ। ਕਾਨੂੰਨ ਅਤੇ ਨਿਆਂ ਮੰਤਰਾਲੇ ਦੇ ਕਾਨੂੰਨੀ ਮਾਮਲਿਆਂ ਅਤੇ ਵਿਧਾਨਕ ਵਿਭਾਗ ਨੇ ‘ਕੇਰਲ’ ਰਾਜ ਦਾ ਨਾਮ ਬਦਲ ਕੇ ‘ਕੇਰਲਮ’ ਕਰਨ ਦੇ ਪ੍ਰਸਤਾਵ ਨਾਲ ਸਹਿਮਤੀ ਪ੍ਰਗਟਾਈ ਹੈ।

ਅਗਨੀਵੀਰਾਂ ਦੀ ਭਰਤੀ ਲਈ ਆਨਲਾਈਨ ਅਰਜ਼ੀਆਂ ਮੰਗੀਆਂ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਫ਼ਰਵਰੀ, 2026:
ਭਾਰਤੀ ਸੈਨਾ ਵੱਲੋਂ ਅਗਨੀਪਥ ਯੋਜਨਾ ਤਹਿਤ ਅਗਨੀਵੀਰਾਂ ਦੀ ਭਰਤੀ ਲਈ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਯੋਗ ਉਮੀਦਵਾਰਾਂ ਤੋਂ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਭਰਤੀ ਲਈ ਅਰਜ਼ੀ ਦੇਣ ਵਾਲੇ ਉਮੀਦਵਾਰਾਂ ਦੀ ਜਨਮ ਮਿਤੀ 1 ਜੁਲਾਈ 2005 ਤੋਂ 1 ਜੁਲਾਈ 2009 (ਦੋਵੇਂ ਦਿਨ ਸਮੇਤ) ਦਰਮਿਆਨ ਹੋਣੀ ਲਾਜ਼ਮੀ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਯੋਗ ਅਤੇ ਇੱਛੁਕ ਉਮੀਦਵਾਰ ਅਧਿਕਾਰਤ ਵੈੱਬਸਾਈਟ https://joinindianarmy.nic.in ’ਤੇ ਜਾ ਕੇ ਆਪਣੀਆਂ ਅਰਜ਼ੀਆਂ ਭਰ ਸਕਦੇ ਹਨ। ਆਨਲਾਈਨ ਅਰਜ਼ੀਆਂ ਪ੍ਰਾਪਤ ਕਰਨ ਦੀ ਆਖ਼ਰੀ ਮਿਤੀ 1 ਅਪ੍ਰੈਲ 2026 ਹੈ। ਉਮੀਦਵਾਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਅਰਜ਼ੀ ਭਰਨ ਤੋਂ ਪਹਿਲਾਂ ਵੈੱਬਸਾਈਟ ’ਤੇ ਦਿੱਤੀਆਂ ਯੋਗਤਾ ਸ਼ਰਤਾਂ ਅਤੇ ਹਦਾਇਤਾਂ ਨੂੰ ਧਿਆਨ ਨਾਲ ਪੜ੍ਹ ਲਿਆ ਜਾਵੇ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਯੋਗਤਾ ਪੂਰੀ ਕਰਦੇ ਨੌਜਵਾਨਾਂ ਨੂੰ ਦੇਸ਼ ਸੇਵਾ ਦਾ ਇਹ ਮੌਕਾ ਹਾਸਲ ਕਰਨ ਅਤੇ ਅਨੁਸ਼ਾਸਿਤ ਅਤੇ ਸਨਮਾਨਯੋਗ ਕਰੀਅਰ ਬਣਾਉਣ ਲਈ ਅੱਗੇ ਆਉਣ ਦੀ ਅਪੀਲ ਕੀਤੀ।

ਠੇਕੇ ‘ਤੇ ਕੰਮ ਕਰਦੇ ਮੁਲਾਜ਼ਮਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ

ਚੰਡੀਗੜ੍ਹ, 24 ਫਰਵਰੀ :

ਕੋਰੋਨਾ ਸਮੇਂ ਫਰੰਟ ਲਾਈਨ ਉਤੇ ਰਹਿ ਕੇ ਕੰਮ ਕਰਨ ਵਾਲੇ ਕੋਵਿਡ ਵਲੰਟੀਅਰ, ਠੇਕੇ, ਆਊਟਸੋਰਸ ਉਤੇ ਕੰਮ ਕਰਦੇ ਮੁਲਾਜ਼ਮਾਂ ਲਈ ਪੰਜਾਬ ਸਰਕਾਰ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿਚ ਕੋਵਿਡ ਵਲੰਟੀਅਰਾਂ ਲਈ ਸਰਕਾਰ ਨੇ ਅਹਿਮ ਫੈਸਲਾ ਲਿਆ ਹੈ। ਮੰਤਰੀ ਮੰਡਲ ਨੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਿੱਚ ਮਹਾਂਮਾਰੀ ਦੌਰਾਨ ਕੰਮ ਕਰਨ ਵਾਲੇ ਕੋਵਿਡ ਵਲੰਟੀਅਰਾਂ ਦੇ ਨਾਲ-ਨਾਲ ਵਿਭਾਗ ਅਧੀਨ ਠੇਕੇ ‘ਤੇ/ਆਊਟਸੋਰਸ ਆਧਾਰ ‘ਤੇ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਗਰੁੱਪ-ਸੀ ਅਤੇ ਗਰੁੱਪ-ਡੀ ਦੀਆਂ ਖਾਲੀ ਅਸਾਮੀਆਂ ‘ਤੇ ਵਾਧੂ ਅੰਕ ਅਤੇ ਉਪਰਲੀ ਉਮਰ ਸੀਮਾ ਵਿੱਚ ਵਿਸ਼ੇਸ਼ ਛੋਟ ਦਾ ਲਾਭ ਦੇਣ ਦੀ ਪ੍ਰਵਾਨਗੀ ਵੀ ਦਿੱਤੀ।

ਇਹ ਲਾਭ ਕੋਵਿਡ ਮਹਾਂਮਾਰੀ ਦੌਰਾਨ ਦਿੱਤੀਆਂ ਗਈਆਂ ਸੇਵਾਵਾਂ ਨੂੰ ਢੁਕਵੇਂ ਤਜਰਬੇ ਵਜੋਂ ਮੰਨਦੇ ਹੋਏ ਮੌਜੂਦਾ ਸਾਲ ਦੌਰਾਨ 31 ਦਸੰਬਰ, 2026 ਤੱਕ ਸਿੱਧੀ ਭਰਤੀ ਵਿੱਚ ਲਾਗੂ ਹੋਵੇਗਾ।

ਇਹ ਵੀ ਪੜ੍ਹੋ : ਚੇਅਰਮੈਨ ਨੇ ਸੁਣੀਆਂ ਮੁਲਾਜ਼ਮਾਂ ਦੀਆਂ ਸਮੱਸਿਆਵਾਂ

ਪੰਜਾਬ ਸਰਕਾਰ ਨੇ ਸਿਹਤ ਵਿਭਾਗ ’ਚ 361 ਅਸਾਮੀਆਂ ਭਰਨ ਦਿੱਤੀ ਹਰੀ ਝੰਡੀ

ਚੰਡੀਗੜ੍ਹ, 24 ਫਰਵਰੀ :

ਪੰਜਾਬ ਸਰਕਾਰ ਵੱਲੋਂ ਸਿਹਤ ਵਿਭਾਗ ਵਿਚ 361 ਅਸਾਮੀਆਂ ਨੂੰ ਸੁਰਜੀਤ ਕਰਨ ਅਤੇ ਭਰਨ ਲਈ ਵੱਡਾ ਫੈਸਲਾ ਲਿਆ ਗਿਆ ਹੈ। ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿਚ 361 ਅਸਾਮੀਆਂ ਸੁਰਜੀਤ ਕਰਨ ਅਤੇ ਭਰਨ ਦੀ ਹਰੀ ਝੰਡੀ ਦਿੱਤੀ ਗਈ ਹੈ। ਮੰਤਰੀ ਮੰਡਲ ਨੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿੱਚ ਸਟਾਫ ਨਰਸਾਂ (ਗਰੁੱਪ-ਸੀ) ਦੀਆਂ 361 ਖਾਲੀ ਅਸਾਮੀਆਂ ਨੂੰ ਮੁੜ ਸੁਰਜੀਤ ਕਰਨ ਅਤੇ ਭਰਨ ਦੀ ਪ੍ਰਵਾਨਗੀ ਦੇ ਦਿੱਤੀ। ਇਨ੍ਹਾਂ ਵਿੱਚ 224 ਉਹ ਅਸਾਮੀਆਂ ਸ਼ਾਮਲ ਹਨ ਜੋ ਇੱਕ ਸਾਲ ਤੋਂ ਵੱਧ ਸਮੇਂ ਤੋਂ ਖਾਲੀ ਹਨ ਅਤੇ 137 ਅਸਾਮੀਆਂ ਜੋ ਇੱਕ ਸਾਲ ਤੋਂ ਘੱਟ ਸਮੇਂ ਤੋਂ ਖਾਲੀ ਹਨ। ਇਨ੍ਹਾਂ ਅਸਾਮੀਆਂ ਨੂੰ ਪੰਜਾਬ ਅਧੀਨ ਚੋਣ ਸੇਵਾਵਾਂ ਬੋਰਡ ਦੇ ਦਾਇਰੇ ਤੋਂ ਬਾਹਰ ਕੱਢ ਕੇ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਫਰੀਦਕੋਟ ਰਾਹੀਂ ਭਰਿਆ ਜਾਵੇਗਾ।

ਜਸਵੀਰ ਗੜ੍ਹੀ ਨੇ ਐਸ.ਸੀ. ਮੁਲਾਜਮ ਜਥੇਬੰਦੀਆਂ ਦੀਆਂ ਮੁਸ਼ਕਲਾਂ ਸੁਣੀਆਂ


ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਨਿਯਮਿਤ ਕਰਨ ਸਬੰਧੀ ਕੀਤੀ ਗਈ ਮੰਗ

ਚੰਡੀਗੜ੍ਹ, 24 ਫਰਵਰੀ :

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਵੱਲੋਂ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਪੰਜਾਬ ਦੀਆਂ ਐਸ.ਸੀ ਮੁਲਾਜ਼ਮ ਜਥੇਬੰਦੀਆਂ ਦੀਆਂ ਸਮੱਸਿਆਵਾਂ ਅਤੇ ਸੰਵਿਧਾਨਕ ਅਧਿਕਾਰਾਂ ਨੂੰ ਲਾਗੂ ਕਰਵਾਉਣ ਵਿੱਚ ਆ ਰਹੀਆਂ ਦਿੱਕਤਾਂ ਨੂੰ ਹੱਲ ਕਰਵਾਉਣ ਲਈ ਪੰਜਾਬ ਭਵਨ, ਚੰਡੀਗੜ੍ਹ ਵਿਖੇ ਵਿਸ਼ੇਸ਼ ਮੀਟਿੰਗ ਦੀ ਪ੍ਰਧਾਨਗੀ ਕੀਤੀ ਗਈ।

ਇਸ ਮੀਟਿੰਗ ਵਿੱਚ ਸੂਬੇ ਦੀਆਂ ਜ਼ਿਆਦਾਤਰ ਐਸ.ਸੀ. ਮੁਲਾਜ਼ਮ ਜਥੇਬੰਦੀਆਂ ਵੱਲੋਂ ਹਿੱਸਾ ਲਿਆ ਗਿਆ। ਜੱਥੇਬੰਦੀਆਂ ਦੇ ਪ੍ਰਤੀਨਿਧੀਆਂ ਨੇ ਮੀਟਿੰਗ ਦੌਰਾਨ ਰਾਖਵਾਂਕਰਨ/ਪ੍ਰਤੀਨਿਧਤਾ ਸਬੰਧੀ ਪੰਜਾਬ ਵਿੱਚ ਲਾਗੂ ਨਿਯਮਾਂ ਦਾ ਮੁੜ ਮੁਲਾਂਕਣ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਪੰਜਾਬ ਰਾਜ ਵਿੱਚ ਰਾਖਵਾਂਕਰਨ ਨੀਤੀ 1971 ਦੇ ਮਰਦਮਸ਼ੁਮਾਰੀ ਅਨੁਸਾਰ ਤੈਅ ਕੀਤੀ ਗਈ ਸੀ, ਜਿਸ ਵਿੱਚ 50 ਸਾਲ ਬੀਤਣ ਦੇ ਬਾਵਜੂਦ ਦੀ ਕੋਈ ਮੁਲਾਂਕਣ ਨਹੀਂ ਕੀਤਾ ਗਿਆ ਜਦਕਿ ਪੰਜਾਬ ਰਾਜ ਵਿੱਚ ਦਲਿਤ ਆਬਾਦੀ 38 ਫੀਸਦ ਤੋਂ ਜ਼ਿਆਦਾ ਹੋ ਗਈ ਹੈ। ਇਸ ਦੇ ਨਾਲ ਹੀ ਇਨ੍ਹਾਂ ਆਗੂਆਂ ਵੱਲੋਂ 85ਵੀਂ ਸੰਵਿਧਾਨਕ ਸੋਧ ਲਾਗੂ ਕਰਨ, 10-10-2014 ਨੂੰ ਜਾਰੀ ਕੀਤੇ ਗਏ ਗੈਰ ਸੰਵਿਧਾਨਕ ਪੱਤਰ ਨੂੰ ਵਾਪਿਸ ਲੈਣ ਰੋਸਟਰ ਰਜਿਸਟਰਾਂ ਅਤੇ ਬੈਕਲਾਗ ਨਾਲ ਸਬੰਧਤ ਭਰਤੀਆਂ ਨਾਲ ਸਬੰਧਤ ਮਾਮਲਿਆਂ ਨੂੰ ਚੁੱਕਿਆ ਗਿਆ ਅਤੇ ਕਮਿਸ਼ਨ ਤੋਂ ਮੰਗ ਕੀਤੀ ਗਈ ਕਿ ਇਸ ਸਬੰਧੀ ਜਲਦ ਕਾਰਵਾਈ ਕਰਕੇ ਇਨ੍ਹਾਂ ਮਸਲਿਆਂ ਨੂੰ ਹੱਲ ਕਰਵਾਇਆ ਜਾਵੇ।

ਮੁਲਾਜ਼ਮ ਜੱਥੇਬੰਦੀਆਂ ਨੇ ਕੱਚੇ ਮੁਲਾਜ਼ਮਾਂ ਦਾ ਵੀ ਮੁੱਦਾ ਚੁੱਕਦਿਆਂ ਕਮਿਸ਼ਨ ਤੋਂ ਮੰਗ ਕੀਤੀ ਕਿ ਇਨ੍ਹਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਵਾਉਣ ਲਈ ਉੱਦਮ ਕੀਤੇ ਜਾਣ।

ਅੱਜ ਦੀ ਇਸ ਮੀਟਿੰਗ ਵਿੱਚ ਸ. ਜਸਵੀਰ ਸਿੰਘ ਪਾਲ, ਸ. ਅਵਤਾਰ ਸਿੰਘ ਕੈਂਥ, ਸ. ਅਮਰੀਕ ਸਿੰਘ ਬੰਗੜ, ਸ. ਕ੍ਰਿਸ਼ਨ ਸਿੰਘ ਅਤੇ ਕਈ ਹੋਰ ਹਾਜ਼ਰ ਸਨ।

ਏਅਰ ਐਂਬੂਲੈਂਸ ਕ੍ਰੈਸ਼, 7 ਲੋਕਾਂ ਦੀ ਮੌਤ

ਰਾਂਚੀ, 24 ਫਰਵਰੀ :

ਝਾਰਖੰਡ ਦੇ ਰਾਂਚੀ ‘ਚ ਏਅਰ ਐਂਬੂਲੈਂਸ ਕ੍ਰੈਸ਼ ਹੋਣ ਕਾਰਨ ਵੱਡਾ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿਚ ਦੋ ਪਾਇਲਟ, ਇਕ ਡਾਕਟਰ ਅਤੇ ਮਰੀਜ਼ ਸਮੇਤ 7 ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਇਹ ਹਾਦਸਾ ਮੌਸਮ ਖਰਾਬ ਹੋਣ ਕਾਰਨ ਵਾਪਰਿਆ ਹੈ। ਇਸ ਏਅਰ ਐਂਬੂਲੈਂਸ ਨੇ ਰਾਂਚੀ ਦੇ ਵਿਰਸਾ ਮੁੰਡਾ ਏਅਰਪੋਰਟ ਤੋਂ ਉਡਾਣ ਭਰੀ ਸੀ, ਜਿਸ ਰਾਹੀਂ ਮਰੀਜ਼ ਨੂੰ ਦਿੱਲੀ ਲਿਆਂਦਾ ਜਾ ਰਿਹਾ ਸੀ।

ਮਿਲੀ ਜਾਣਕਾਰੀ ਮੁਤਾਬਕ ਲਾਤੇਹਾਰ ਦੇ ਚਾਂਦਵਾ ਦੇ ਰਹਿਣ ਵਾਲੇ 41 ਸਾਲਾ ਸੰਜੇ ਕੁਮਾਰ ਨੂੰ ਬਿਹਤਰ ਇਲਾਜ ਲਈ ਦਿੱਲੀ ਲਿਜਾਇਆ ਜਾ ਰਿਹਾ ਸੀ। ਬੀਤੇ ਸ਼ਾਮ 7 ਵਜੇ ਦੇ ਕਰੀਬ ਜਹਾਜ਼ ਨੇ ਉਡਾਣ ਭਰੀ ਸੀ, ਜਿਸ ਤੋਂ 20 ਮਿੰਟ ਬਾਅਦ ਹੀ ਅਚਾਨਕ ਏਅਰ ਟ੍ਰੈਫਿਕ ਕੰਟਰੋਲ (ਏਟੀਸੀ) ਨਾਲ ਸੰਪਰਕ ਟੁੱਟ ਗਿਆ ਅਤੇ ਚਤਰਾ ਜ਼ਿਲ੍ਹੇ ਦੇ ਸਿਮਰੀਆ ਥਾਣਾ ਖੇਤਰ ਵਿੱਚ ਕਸੀਆਤੂ ਦੇ ਅਧੀਨ ਕਰਮਤੰਡ ਜੰਗਲ ਵਿੱਚ ਹਾਦਸਾਗ੍ਰਸਤ ਹੋ ਗਿਆ। ਚਸ਼ਮਦੀਦਾਂ ਦੇ ਅਨੁਸਾਰ, ਉਸ ਸਮੇਂ ਖੇਤਰ ਵਿੱਚ ਤੇਜ਼ ਤੂਫ਼ਾਨ, ਬਿਜਲੀ ਅਤੇ ਭਾਰੀ ਮੀਂਹ ਪੈ ਰਿਹਾ ਸੀ। ਹਾਦਸੇ ਦੀ ਖ਼ਬਰ ਮਿਲਦਿਆ ਹੀ ਜ਼ਿਲ੍ਹਾ ਪ੍ਰਸ਼ਾਸਨ ਨੇ ਸਥਾਨਕ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਤੁਰੰਤ ਕਾਰਵਾਈ ਸੰਭਾਲ ਲਈ। ਚਤਰਾ ਦੇ ਡੀਸੀ ਕੀਰਤੀ ਸ਼੍ਰੀ ਜੀ ਅਤੇ ਐਸਪੀ ਸੁਮਿਤ ਕੁਮਾਰ ਅਗਰਵਾਲ ਭਾਰੀ ਪੁਲਿਸ ਫੋਰਸ ਅਤੇ ਅਰਧ ਸੈਨਿਕ ਬਲਾਂ ਨਾਲ ਮੌਕੇ ‘ਤੇ ਪਹੁੰਚੇ। ਜਹਾਜ਼ ਦੇ ਮਲਬੇ ਵਿੱਚੋਂ ਇੱਕ ਔਰਤ ਅਤੇ ਛੇ ਪੁਰਸ਼ਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਘਟਨਾ ਦੇ ਹਰ ਪਹਿਲੂ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਇੱਕ ਫੋਰੈਂਸਿਕ ਟੀਮ ਨੂੰ ਘਟਨਾ ਸਥਾਨ ‘ਤੇ ਬੁਲਾਇਆ ਗਿਆ ਹੈ।

ਘਰ ’ਚ ਲੱਗੀ ਭਿਆਨਕ ਅੱਗ, ਪਰਿਵਾਰ ਦੇ 6 ਮੈਂਬਰਾਂ ਦੀ ਮੌਤ

ਮੇਰਠ, 24 ਫਰਵਰੀ :

ਉਤਰ ਪ੍ਰਦੇਸ਼ ਦੇ ਮੇਰਠ ਵਿਚ ਭਿਆਨਕ ਅੱਗ ਲੱਗਣ ਕਾਰਨ ਵੱਡਾ ਹਾਦਸਾ ਵਾਪਰਿਆ ਹੈ। ਅੱਗ ਕਾਰਨ ਇਕ ਪਰਿਵਾਰ ਦੇ 6 ਮੈਂਬਰਾਂ ਦੀ ਮੌਤ ਹੋ ਗਈ। ਇਹ ਹਾਦਸਾ ਬੀਤੇ ਦੇਰ ਰਾਤ ਨੂੰ ਵਾਪਰਿਆ ਹੈ।

ਅੱਗ ਲੱਗਣ ਦਾ ਪਤਾ ਚਲਦਿਆਂ ਹੀ ਸਥਾਨਕ ਲੋਕਾਂ ਨੇ ਇਕੱਠੇ ਹੋ ਦੇ ਅੱਗ ਬਝਾਉਣ ਦਾ ਕੰਮ ਸ਼ੁਰੂ ਕਰ ਦਿੱਤਾ। ਖਬਰ ਮਿਲਦਿਆਂ ਹੀ ਪੁਲਿਸ ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ਉਤੇ ਪਹੁੰਚ ਗਈ। ਜ਼ਖਮੀਆਂ ਨੂੰ ਤੁਰੰਤ ਹਸਪਤਾਲ ਭਰਤੀ ਕਰਵਾਇਆ ਗਿਆ। ਹਸਪਤਾਲ ਵਿਚ ਡਾਕਟਰਾਂ ਨੇ 6 ਮ੍ਰਿਤਕ ਐਲਾਨ ਦਿੱਤਾ। ਮਰਨ ਵਾਲਿਆਂ ਵਿਚ ਮਾਸੂਮ ਬੱਚੇ ਅਤੇ ਔਰਤਾਂ ਵੀ ਸ਼ਾਮਲ ਹਨ। ਇਸ ਘਟਨਾ ਸਬੰਧੀ ਐਸਪੀ ਅਵਿਨਾਸ਼ ਪਾਂਡੇ ਨੇ ਦੱਸਿਆ ਕਿ ਅੱਗ ਲੱਗਣ ਦੀ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਤੇ ਪ੍ਰਸ਼ਾਸਨ ਮੌਕੇ ਉਤੇ ਪਹੁੰਚ ਗਿਆ ਸੀ। ਇਸ ਘਟਨਾ ਦਾ ਜਾਂਚ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ।

ਪੰਜਾਬ

ਦੇਸ਼