Breaking News
ਰਾਮ ਮੰਦਿਰ ਚੜ੍ਹਾਵਾ ਚੋਰੀ ਕੇਸ: ਗ੍ਰਿਫਤਾਰੀਆਂ ਦਾ ਚੱਕਰ ਸ਼ੁਰੂ
ਪੰਜਾਬ ‘ਚ 1 ਜੁਲਾਈ ਤੋਂ ਲਾਗੂ ਹੋਵੇਗੀ VB-G RAM G, ਪੰਜਾਬ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ

ਚੰਡੀਗੜ੍ਹ, 27 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਵਿੱਚ ਇਕ ਜੁਲਾਈ ਤੋਂ ਕੇਂਦਰ ਸਰਕਾਰ ਵੱਲੋਂ ਮਗਨਰੇਗਾ ਕਾਨੂੰਨ ਦੀ ਥਾਂ ਉਤੇ VB-G RAM G ਲਿਆਂਦੀ ਗਈ ਸਕੀਮ ਲਾਗੂ ਹੋ ਗਈ ਹੈ। ਪੰਜਾਬ ਸਰਕਾਰ ਨੇ VB-G RAM G ( Viksit Bharat Guarantee for Rozgar and Ajeevika Mission) ਸਕੀਮ ਨੂੰ ਲਾਗੂ ਕਰਨ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਇਕ ਜੁਲਾਈ ਇਹ ਸਕੀਮ ਲਾਗੂ ਕੀਤੀ ਜਾਵੇਗੀ। ਇਹ ਵੀ ਦੱਸਣਯੋਗ ਹੈ ਕਿ ਜਦੋਂ ਕੇਂਦਰ ਸਰਕਾਰ ਵੱਲੋਂ ਇਹ ਸਕੀਮ ਲਿਆਂਦੀ ਗਈ ਸੀ ਤਾਂ ਉਸ ਸਮੇਂ ਪੰਜਾਬ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ ਵੱਲੋਂ ਇਸਦਾ ਵਿਰੋਧ ਕੀਤਾ ਗਿਆ ਸੀ। ਪੰਜਾਬ ਸਰਕਾਰ ਨੇ ਇਸ ਸਕੀਮ ਵਿਰੁੱਧ ਵਿਧਾਨ ਸਭਾ ਦਾ ਸੈਸ਼ਨ ਬੁਲਾ ਕੇ ਵਿਰੋਧ ’ਚ ਮਤਾ ਪਾਸ ਕੀਤਾ ਸੀ।

ਪੰਜਾਬ ਪੁਲਿਸ ਨੇ 10 ਪਿਸਤੌਲਾਂ ਤੇ 9 ਜ਼ਿੰਦਾ ਕਾਰਤੂਸ ਸਮੇਤ 4 ਮੁਲਜ਼ਮ ਕੀਤੇ ਗ੍ਰਿਫਤਾਰ

ਅੰਮ੍ਰਿਤਸਰ, 27 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਵੱਡੀ ਸਫਲਤਾ ਪ੍ਰਾਪਤ ਕਰਦੇ ਹੋਏ, ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ, ਚਾਰ ਮੁਲਜ਼ਮਾਂ ਨੂੰ 10 ਆਧੁਨਿਕ ਪਿਸਤੌਲਾਂ ਅਤੇ 9 ਜ਼ਿੰਦਾ ਕਾਰਤੂਸ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ।

ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਮੁਲਜ਼ਮ ਕਥਿਤ ਤੌਰ ‘ਤੇ ਵਿਦੇਸ਼-ਅਧਾਰਤ ਤਸਕਰ ਨਾਲ ਜੁੜੇ ਹੋਏ ਸਨ ਅਤੇ ਅਪਰਾਧਿਕ ਤੱਤਾਂ ਨੂੰ ਸਪਲਾਈ ਕਰਨ ਲਈ ਸਰਹੱਦ ਪਾਰ ਦੇ ਰਸਤਿਆਂ ਰਾਹੀਂ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਪ੍ਰਾਪਤ ਕਰ ਰਹੇ ਸਨ।

ਥਾਣਾ ਛੇਹਰਟਾ ਅਤੇ ਥਾਣਾ ਮਕਬੂਲਪੁਰਾ, ਅੰਮ੍ਰਿਤਸਰ ਵਿਖੇ ਐਫ.ਆਈ.ਆਰ ਦਰਜ ਕੀਤੀਆਂ ਗਈਆਂ ਹਨ। ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਲੜੀ ਵਿੱਚ ਸ਼ਾਮਲ ਹੋਰ ਸਹਿਯੋਗੀਆਂ ਦੀ ਪਛਾਣ ਕਰਨ ਅਤੇ ਪਿਛਲੇ ਅਤੇ ਅਗਲੇ ਸਬੰਧ ਸਥਾਪਤ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

ਬੇਅਦਬੀ ਕੇਸ ਦੀ ਰਿਪੋਰਟ ਲਿਖਣ ਲਈ ਗਾਈਡ ਲਾਈਨ ਜਾਰੀ, ਵਰਤੇ ਜਾਣ ਇਹ 22 ਸ਼ਬਦ

ਚੰਡੀਗੜ੍ਹ, 27 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਬੇਅਦਬੀ ਦੀਆਂ ਘਟਨਾ ਦੀ ਰਿਪੋਰਟ ਲਿਖਣ ਸਮੇਂ ਵਰਤੇ ਜਾਣ ਵਾਲੇ ਸ਼ਬਦਾਂ ਨੂੰ ਲੈ ਕੇ ਪੀਬੀਆਈ (PBI) ਵੱਲੋਂ ਗਾਈਡਲਾਈਨ ਜਾਰੀ ਕੀਤੀ ਗਈ ਹੈ। ਪੀਬੀਆਈ ਵੱਲੋਂ ਜਾਰੀ ਗਾਈਡ ਲਾਈਨ ਵਿੱਚ 22 ਸ਼ਬਦਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਕਿਸੇ ਵੀ ਬੇਅਦਬੀ ਸਬੰਧੀ ਰਿਪੋਰਟ ਲਿਖਦੇ ਸਮੇਂ ਇਹ 22 ਸ਼ਬਦ ਵਰਤੇ ਜਾਣੇ। ਗਾਈਡ ਲਾਈਨ ਮੁਤਾਬਕ ‘ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਰਿਪੋਰਟ ‘ਚ ਇਸੇ ਤਰ੍ਹਾਂ ਲਿਖਿਆ ਜਾਵੇ’ ਪਾਵਨ ਸਰੂਪ, ਪਾਵਨ ਅੰਗ, ਰੁਮਾਲਾ ਸਾਹਿਬ ਆਦਿ ਸ਼ਬਦ ਵੀ ਇੱਦਾਂ ਹੀ ਲਿਖੇ ਜਾਣ। ਇਹ ਵੀ ਕਿਹਾ ਗਿਆ ਹੈ ਕਿ  ਰਿਪੋਰਟ ‘ਚ ਸ਼ਬਦਾਂ ਨੂੰ ਪੰਜਾਬੀ ‘ਚ ਹੀ ਲਿਖਿਆ ਜਾਵੇ। ਰਿਪੋਰਟ ਲਿਖਦੇ ਸਮੇਂ ਭਾਵਨਾਵਾਂ ਨੂੰ ਨਾ ਪਹੁੰਚੇ ਠੇਸ, ‘ਜਾਂਚ ਦੌਰਾਨ ਵੀ ਧਾਰਮਿਕ ਸੰਸਥਾਵਾਂ ਨਾਲ ਤਾਲਮੇਲ ਜ਼ਰੂਰੀ’

ਬੇਅਦਬੀ ਕੇਸ ਦੀ ਰਿਪੋਰਟ ਲਈ GUIDELINES

ਇਨ੍ਹਾਂ ਸ਼ਬਦਾਂ ਦੀ ਹੋਵੇਗੀ ਵਰਤੋਂ

ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ

ਪਾਵਨ ਸਰੂਪ

ਪਾਵਨ ਅੰਗ

ਰੁਮਾਲਾ ਸਾਹਿਬ

ਚੌਰ ਸਾਹਿਬ

 ਪਾਲਕੀ ਸਾਹਿਬ

ਪੀੜਾ ਸਾਹਿਬ

ਚੰਦੋਆ ਸਾਹਿਬ

ਸੈਂਚੀ ਸਾਹਿਬ

ਗੁਟਕਾ ਸਾਹਿਬ

ਨਿਤਨੇਮ

ਪ੍ਰਕਾਸ਼ ਅਸਥਾਨ

ਸੁਖ ਆਸਣ

ਧੜਾ ਸਾਹਿਬ

ਗ੍ਰੰਥੀ ਸਿੰਘ

ਸੇਵਾਦਾਰ

ਬਿਰਧ ਅਵਸਥਾ

ਅਨੰਦ ਕਾਰਜ

ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰ ਸਕਦੀ-ਮੁੱਖ ਮੰਤਰੀ ਭਗਵੰਤ ਮਾਨ

ਪਟਿਆਲਾ, 27 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਤੌਰ ’ਤੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਵੀ ਮੁਆਫ਼ ਨਹੀਂ ਕਰ ਸਕਦੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਘਿਨਾਉਣੇ ਅਪਰਾਧ ਦੇ ਜ਼ਿੰਮੇਵਾਰ ਲੋਕ ਛੇਤੀ ਹੀ ਜੇਲ੍ਹ ਦੀਆਂ ਸ਼ਲਾਖਾਂ ਪਿੱਛੇ ਹੋਣਗੇ।
ਪਟਿਆਲਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਸਮਾਣਾ ਦੇ ਪਿੰਡ ਗਾਜੇਵਾਸ ਵਿਖੇ ‘ਲੋਕ ਮਿਲਣੀ’ ਦੌਰਾਨ ਮੁੱਖ ਮੰਤਰੀ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026’ ਬੇਅਦਬੀ ਕਰਨ ਵਾਲੇ ਕਿਸੇ ਵੀ ਵਿਅਕਤੀ ਲਈ ਸਖ਼ਤ ਤੋਂ ਸਖ਼ਤ ਸਜ਼ਾ ਦੀ ਵਿਵਸਥਾ ਕਰੇਗਾ।
ਮੁੱਖ ਮੰਤਰੀ ਨੇ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਲੋਕ-ਪੱਖੀ ਸ਼ਾਸਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਲੋਕਾਂ ਦਾ ਪੈਸਾ ਵਿਕਾਸ, ਸਕੂਲਾਂ, ਹਸਪਤਾਲਾਂ ਅਤੇ ਸੜਕਾਂ ‘ਤੇ ਖ਼ਰਚ ਕੀਤਾ ਜਾ ਰਹੀ ਹੈ, ਜਦਕਿ 90 ਫੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ 68,000 ਤੋਂ ਵੱਧ ਨੌਜਵਾਨਾਂ ਨੇ ਬਿਨਾਂ ਕਿਸੇ ਰਿਸ਼ਵਤ ਜਾਂ ਸਿਫ਼ਾਰਸ਼ ਦੇ ਸਰਕਾਰੀ ਨੌਕਰੀਆਂ ਹਾਸਲ ਕੀਤੀਆਂ ਹਨ।
ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਕੁਝ ਅੰਸ਼ ਸਾਂਝੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਖਿਆ: “ਅੱਜ ਸਮਾਣਾ ਵਿਧਾਨ ਸਭਾ ਹਲਕੇ ਦੇ ਪਿੰਡ ਗਾਜੇਵਾਸ ਵਿਖੇ ‘ਲੋਕ ਮਿਲਣੀ’ ਦੌਰਾਨ ਲੋਕਾਂ ਨਾਲ ਰਾਬਤਾ ਕਾਇਮ ਕੀਤਾ। ਲੋਕਾਂ ਵੱਲੋਂ ਭਰਵਾਂ ਹੁੰਗਾਰਾ ਅਤੇ ਅਥਾਹ ਪਿਆਰ ਮਿਲਿਆ। ਪਿੰਡ ਗਾਜੇਵਾਸ ਦੇ ਵਿਕਾਸ ਲਈ ਪਿੰਡ ਦੇ ਸਰਪੰਚ ਨੂੰ 51 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਸੌਂਪਿਆ। ਔਰਤਾਂ ਲਈ ਵਿੱਤੀ ਸੁਰੱਖਿਆ, ਮੁਫ਼ਤ ਸਿਹਤ ਸਹੂਲਤਾਂ ਅਤੇ ਹਰ ਪਿੰਡ ਵਿੱਚ ਬਿਹਤਰ ਸਹੂਲਤਾਂ ਯਕੀਨੀ ਬਣਾਉਣਾ ਸਾਡੀ ਮੁੱਖ ਤਰਜੀਹ ਹੈ।”
ਪੋਸਟ ਦੇ ਅੰਤ ਵਿੱਚ ਲਿਖਿਆ, “ਸਾਡਾ ਇੱਕੋ ਇੱਕ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਹਰ ਘਰ ਨੂੰ ਬਿਹਤਰ ਸਹੂਲਤਾਂ ਮਿਲਣ ਅਤੇ ਪੰਜਾਬ ਨੂੰ ਹਰ ਖੇਤਰ ਵਿੱਚ ਨੰਬਰ ਇਕ ਸੂਬਾ ਬਣਾਇਆ ਜਾ ਸਕੇ। ਲੋਕਾਂ ਦੇ ਆਸ਼ੀਰਵਾਦ ਅਤੇ ਸਹਿਯੋਗ ਨਾਲ ਅਸੀਂ ਇੱਕ ਵਾਰ ਫਿਰ ਰੰਗਲਾ ਪੰਜਾਬ ਬਣਾਉਣ ਲਈ ਇਕੱਠੇ ਅੱਗੇ ਵਧ ਰਹੇ ਹਾਂ। ਇਨਕਲਾਬ ਜ਼ਿੰਦਾਬਾਦ।”
ਲੋਕ ਮਿਲਣੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਗੁਨਾਹਗਾਰਾਂ ਨੂੰ ਸਿੱਖ ਪੰਥ ਅਤੇ ਗੁਰੂ ਸਾਹਿਬਾਨ ਨਾਲ ਕੀਤੀ ਗੱਦਾਰੀ ਲਈ ਕਦੇ ਵੀ ਮੁਆਫ਼ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ, “ਬਾਦਲਾਂ ਦੇ ਰਾਜ ਦੌਰਾਨ ਬੇਅਦਬੀ ਦੀਆਂ ਸਭ ਤੋਂ ਵੱਧ ਘਟਨਾਵਾਂ ਵਾਪਰੀਆਂ, ਪਰ ਕਿਸੇ ਨੂੰ ਵੀ ਸਜ਼ਾ ਨਹੀਂ ਦਿੱਤੀ ਗਈ। ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਏ ਨਿਰਦੋਸ਼ ਸਿੱਖ ਸੰਗਤ ‘ਤੇ ਗੋਲੀ ਚਲਾਉਣ ਦੇ ਹੁਕਮ ਦਿੱਤੇ ਗਏ। ਬਾਦਲਾਂ ਤੋਂ ਬਾਅਦ ਸੱਤਾ ਵਿੱਚ ਆਏ ਕੈਪਟਨ ਅਮਰਿੰਦਰ ਸਿੰਘ ਨੇ ਵੀ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਸਜ਼ਾ ਦੇ ਕੇ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਸ਼ਾਂਤ ਕਰਨ ਲਈ ਕੁਝ ਨਹੀਂ ਕੀਤਾ।”
ਉਨ੍ਹਾਂ ਕਿਹਾ ਕਿ ਅਸਲ ਵਿੱਚ ਇਹ ਲੋਕ ਮਨੁੱਖਤਾ ਵਿਰੁੱਧ ਨਾ-ਮੁਆਫ਼ੀਯੋਗ ਅਪਰਾਧ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਨਾਲ ਮਿਲੇ ਹੋਏ ਸਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹੀ ਕਾਰਨ ਹੈ ਕਿ ਇਹ ਲੋਕ ਅਤੇ ਇਨ੍ਹਾਂ ਦੇ ਹੱਥ-ਠੋਕੇ ਹੁਣ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਦੀ ਮੁਖਾਲਫ਼ਤ ਕਰ ਰਹੇ ਹਨ ਕਿਉਂਕਿ ਉਹ ਜਾਣਦੇ ਹਨ ਕਿ ਉਹ ਆਪਣੇ ਪਾਪਾਂ ਲਈ ਕਾਨੂੰਨ ਦੇ ਕਟਹਿਰੇ ਵਿੱਚ ਬੇਨਕਾਬ ਹੋ ਜਾਣਗੇ। ਇਨ੍ਹਾਂ ਆਗੂਆਂ ਨੂੰ ਆਪਣੇ ਪਾਪਾਂ ਦਾ ਖ਼ਮਿਆਜ਼ਾ ਭੁਗਤਣਾ ਪਵੇਗਾ ਅਤੇ ਉਹ ਜਲਦ ਹੀ ਜੇਲ੍ਹ ਦੀਆਂ ਸ਼ਲਾਖਾਂ ਪਿੱਛੇ ਹੋਣਗੇ।”
ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਨੂੰ ਸੱਤਾ ਵਿੱਚ ਆਉਣ ਦੇ ਸੁਪਨੇ ਦੇਖਣੇ ਬੰਦ ਕਰ ਦੇਣੇ ਚਾਹੀਦੇ ਹਨ, ਕਿਉਂਕਿ ਹੁਣ ਸਿੱਖ ਕੌਮ ਵਿਰੁੱਧ ਕੀਤੇ ਅਪਰਾਧਾਂ ਲਈ ਉਨ੍ਹਾਂ ਦੀ ਜੇਲ੍ਹ ਜਾਣ ਦੀ ਵਾਰੀ ਹੈ। ਉਨ੍ਹਾਂ ਕਿਹਾ, “ਮੈਂ ਪ੍ਰਮਾਤਮਾ ਦਾ ਸ਼ੁਕਰਗੁਜ਼ਾਰ ਹਾਂ ਜਿਨ੍ਹਾਂ ਨੇ ਮੈਨੂੰ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਬਣਾਉਣ ਦਾ ਮੌਕਾ ਬਖਸ਼ਿਆ। ਜਦੋਂ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ, ਕਰੋੜਾਂ ਲੋਕਾਂ ਦੀ ਮਾਨਸਿਕਤਾ ਨੂੰ ਗਹਿਰੀ ਠੇਸ ਪਹੁੰਚੀ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪ੍ਰਮਾਤਮਾ ਨੇ ਉਨ੍ਹਾਂ ਨੂੰ ਕਾਨੂੰਨੀ ਮਾਹਿਰਾਂ ਨਾਲ ਵਿਸਥਾਰਤ ਸਲਾਹ-ਮਸ਼ਵਰੇ ਤੋਂ ਬਾਅਦ ਇਹ ਬਿੱਲ ਲਿਆਉਣ ਦੀ ਬਲ-ਬੁੱਧੀ ਤੇ ਤਾਕਤ ਬਖਸ਼ੀ ਹੈ। ਮੁੱਖ ਮੰਤਰੀ ਨੇ ਕਿਹਾ, “ਸਾਡੀ ਸਰਕਾਰ ਨੇ ਇਸ ਬਿੱਲ ਨੂੰ ਬਹੁਤ ਸਾਵਧਾਨੀ ਨਾਲ ਤਿਆਰ ਕੀਤਾ ਹੈ ਤਾਂ ਜੋ ਭਵਿੱਖ ਵਿੱਚ ਕੋਈ ਵੀ ਸੋਧ ਜਾਂ ਖਾਮੀਆਂ ਇਸ ਨੂੰ ਕਮਜ਼ੋਰ ਨਾ ਕਰ ਸਕਣ। ਇਹ ਬਿੱਲ ਸਮਾਜ ਵਿਰੋਧੀ ਅਨਸਰਾਂ ਲਈ ਭਵਿੱਖ ਵਿੱਚ ਅਜਿਹਾ ਕੋਈ ਵੀ ਪਾਪ ਕਰਨ ਤੋਂ ਰੋਕਣ ਦਾ ਕੰਮ ਕਰੇਗਾ ਅਤੇ ਕੋਈ ਵੀ ਕਦੇ ਵੀ ਅਜਿਹਾ ਘਿਨਾਉਣਾ ਅਪਰਾਧ ਕਰਨ ਦੀ ਹਿੰਮਤ ਨਹੀਂ ਕਰ ਸਕੇਗਾ। ਪਹਿਲਾਂ ਲੋਕ ਇਹ ਕਹਿ ਕੇ ਫਾਂਸੀ ਦੇ ਰੱਸੇ ਤੋਂ ਬਚ ਜਾਂਦੇ ਸਨ ਕਿ ‘ਉਨ੍ਹਾਂ ਦਾ ਦਿਮਾਗ ਖ਼ਰਾਬ ਹੈ’ ਜਾਂ ‘ਉਹ ਮਾਨਸਿਕ ਤੌਰ ‘ਤੇ ਬੀਮਾਰ ਹੈ’, ਅਤੇ ਮੁਲਜ਼ਮ ਆਜ਼ਾਦ ਘੁੰਮਦੇ ਸਨ।”
ਹਾਲਾਂਕਿ, ਮੁੱਖ ਮੰਤਰੀ ਨੇ ਸਵਾਲ ਕੀਤਾ, “ਜੇਕਰ ਕੋਈ ਸੱਚਮੁੱਚ ਮਾਨਸਿਕ ਤੌਰ ‘ਤੇ ਠੀਕ ਨਹੀਂ ਹੈ ਤਾਂ ਉਹ ਸਿਰਫ਼ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਹੀ ਨਿਸ਼ਾਨਾ ਕਿਉਂ ਬਣਾਉਂਦਾ ਹੈ? ਉਹ ਕਿਸੇ ਰੇਲ ਇੰਜਣ ਨਾਲ ਕਿਉਂ ਨਹੀਂ ਟਕਰਾਉਂਦਾ ਜਾਂ ਬਿਜਲੀ ਦੀਆਂ ਨੰਗੀਆਂ ਤਾਰਾਂ ਨੂੰ ਹੱਥ ਕਿਉਂ ਨਹੀਂ ਲਾਉਂਦਾ? ਸੱਚਾਈ ਇਹ ਹੈ ਕਿ ਅਜਿਹੀਆਂ ਹਰਕਤਾਂ ਅਕਸਰ ਜਾਣਬੁੱਝ ਕੇ ਅਤੇ ਸਾਜ਼ਿਸ਼ ਤਹਿਤ ਕੀਤੀਆਂ ਜਾਂਦੀਆਂ ਸਨ। ਇਸ ਲਈ ਅਸੀਂ ਕਾਨੂੰਨ ਵਿੱਚ ਇੱਕ ਧਾਰਾ ਜੋੜੀ ਹੈ ਕਿ ਜੇਕਰ ਕਿਸੇ ਨੂੰ ਮੈਡੀਕਲ ਤੌਰ ਉਤੇ ਮਾਨਸਿਕ ਰੋਗੀ ਠਹਿਰਾਇਆ ਜਾਂਦਾ ਹੈ, ਤਾਂ ਉਨ੍ਹਾਂ ਦੇ ਸਰਪ੍ਰਸਤ, ਮਾਪੇ, ਗਾਰਡੀਅਨ ਜਾਂ ਦੇਖਭਾਲ ਕਰਨ ਵਾਲਿਆਂ ਨੂੰ ਵੀ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰਨਾ ਪਵੇਗਾ।”
ਅਕਾਲੀਆਂ ‘ਤੇ ਤਿੱਖਾ ਹਮਲਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਉਹ ਸੱਤਾ ‘ਚ ਸਨ ਤਾਂ ਉਹ ਕਦੇ ਵੀ ਅਜਿਹਾ ਕਾਨੂੰਨ ਬਣਾਉਣ ਲਈ ਸੁਹਿਰਦ ਨਹੀਂ ਸਨ। ਉਨ੍ਹਾਂ ਕਿਹਾ, “ਸੱਚਾਈ ਇਹ ਹੈ ਕਿ ਉਨ੍ਹਾਂ ਦੀ ਨੀਅਤ ਵਿੱਚ ਖੋਟ ਸੀ। ਅਕਾਲੀਆਂ ਨੇ ਆਪਣੇ ਸਿਆਸੀ ਫਾਇਦੇ ਲਈ ਬੇਅਦਬੀ ਦੀਆਂ ਘਟਨਾਵਾਂ ਹੋਣ ਦਿੱਤੀਆਂ।”
ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਹੁਣ ਨਨਾਣ-ਭਰਜਾਈ ਦੀ ਪਾਰਟੀ ਬਣ ਕੇ ਰਹਿ ਗਿਆ ਹੈ ਕਿਉਂਕਿ ਨਨਾਣ ਐਮ.ਪੀ. ਹੈ ਅਤੇ ਭਰਜਾਈ ਐਮ.ਐਲ.ਏ. ਹੈ। ਉਨ੍ਹਾਂ ਕਿਹਾ, “ਸੁਖਬੀਰ ਬਾਦਲ ਸਾਲ 2022 ਦੀ ਹਾਰ ਦੇ ਸਦਮੇ ਵਿੱਚੋਂ ਅਜੇ ਤੱਕ ਬਾਹਰ ਨਹੀਂ ਆ ਸਕੇ। ਸਾਬਕਾ ਉਪ ਮੁੱਖ ਮੰਤਰੀ ਕਹਿੰਦੇ ਹਨ ਕਿ ਉਨ੍ਹਾਂ ਨੇ ਆਪਣੇ ਸਾਰੇ ਵਿਧਾਇਕਾਂ ਨੂੰ ਵਿਧਾਨ ਸਭਾ ਵਿੱਚ ਨਾ ਜਾਣ ਦੇ ਨਿਰਦੇਸ਼ ਦਿੱਤੇ ਹਨ, ਉਹ ਇਹ ਭੁੱਲ ਗਏ ਹਨ ਕਿ ਸ਼੍ਰੋਮਣੀ ਅਕਾਲੀ ਦਲ ਦਾ ਸਿਰਫ਼ ਇੱਕ ਹੀ ਵਿਧਾਇਕ ਬਚਿਆ ਹੈ ਅਤੇ ਉਹ ਵੀ ਉਨ੍ਹਾਂ ਦਾ ਨੇੜਲਾ ਰਿਸ਼ਤੇਦਾਰ ਹੈ।”
ਭਗਵੰਤ ਸਿੰਘ ਮਾਨ ਨੇ ਕਿਹਾ, “ਅਕਾਲੀ, ਕਾਂਗਰਸ ਅਤੇ ਭਾਜਪਾ ਵਾਲੇ ਜਾਣਦੇ ਹਨ ਕਿ ਉਹ ਸਿਆਸੀ ਤੌਰ ‘ਤੇ ਮੇਰਾ ਮੁਕਾਬਲਾ ਨਹੀਂ ਕਰ ਸਕਦੇ, ਇਸ ਲਈ ਉਨ੍ਹਾਂ ਨੇ ਫੇਕ (ਨਕਲੀ) ਵੀਡੀਓਜ਼ ਰਾਹੀਂ ਧਾਰਮਿਕ ਆਧਾਰ ‘ਤੇ ਮੈਨੂੰ ਬਦਨਾਮ ਕਰਨ ਲਈ ਗੱਠਜੋੜ ਕਰ ਲਿਆ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀ ਆਗੂਆਂ ਨੇ ਆਪਣੇ ਲੰਬੇ ਅਤੇ ਜ਼ੁਲਮੀ ਰਾਜ ਦੌਰਾਨ ਸੂਬੇ ਨੂੰ ਬੇਰਹਿਮੀ ਨਾਲ ਲੁੱਟਿਆ ਅਤੇ ਆਮ ਆਦਮੀ ‘ਤੇ ਅਨੇਕਾਂ ਨਾ-ਮੁਆਫ਼ੀਯੋਗ ਜ਼ੁਲਮ ਕੀਤੇ। ਉਨ੍ਹਾਂ ਕਿਹਾ, “ਉਨ੍ਹਾਂ ਨੇ ਪੰਜਾਬੀਆਂ ਦੇ ਹਿਰਦਿਆਂ ਨੂੰ ਵੰਲੂਧਰਿਆ ਅਤੇ ਪੰਜਾਬ ਨੂੰ ਬਰਬਾਦ ਕਰਨ ਲਈ ਸੂਬੇ ਵਿੱਚ ਮਾਫੀਏ ਨੂੰ ਪਨਾਹ ਦਿੱਤੀ। ਅਕਾਲੀ ਲੀਡਰਸ਼ਿਪ ਨੂੰ ਕਦੇ ਵੀ ਮੁਆਫ਼ ਨਹੀਂ ਕੀਤਾ ਜਾ ਸਕਦਾ ਕਿਉਂਕਿ ਉਹ ਸੂਬੇ ਦੀਆਂ ਕਈ ਪੀੜ੍ਹੀਆਂ ਦੀ ਨਸਲਕੁਸ਼ੀ ਲਈ ਜ਼ਿੰਮੇਵਾਰ ਸੀ ਅਤੇ ਨਸ਼ਿਆਂ ਦੇ ਕਾਰੋਬਾਰ ਨੂੰ ਉਨ੍ਹਾਂ ਦੀ ਸਰਪ੍ਰਸਤੀ ਹਾਸਲ ਸੀ ਅਤੇ ਉਨ੍ਹਾਂ ਦੇ ਲੰਬੇ ਕੁਸ਼ਾਸਨ ਦੌਰਾਨ ਇਸ ਕਾਰੋਬਾਰ ਨੇ ਪੈਰ ਪਸਾਰੇ।”
ਸੁਖਬੀਰ ਬਾਦਲ ‘ਤੇ ਤਨਜ਼ ਕੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਆਗੂ ਲੋਕਾਂ ਵਿੱਚ ਆਪਣਾ ਆਧਾਰ ਗੁਆ ਚੁੱਕੇ ਹਨ ਅਤੇ ਆਪਣੀਆਂ ਰੈਲੀਆਂ ਵਿੱਚ ਭੀੜ ਦਿਖਾਉਣ ਲਈ ਪੈਸੇ ਦੇ ਕੇ ਲਿਆਂਦੇ ਵਰਕਰਾਂ ਦੀ ਵਰਤੋਂ ਕਰ ਰਹੇ ਹਨ। ਉਨ੍ਹਾਂ ਕਿਹਾ, “ਅਕਾਲੀਆਂ ਦੀ ਹਰ ਰੈਲੀ ਵਿੱਚ ਉਹੀ ਭੀੜ ਹੁੰਦੀ ਹੈ।”
ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਲਗਾਤਾਰ ਕਿਸੇ ਨਾ ਕਿਸੇ ਦੋਸ਼ ਹੇਠ ਉਨ੍ਹਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰਦੀਆਂ ਰਹਿੰਦੀਆਂ ਹਨ। ਉਨ੍ਹਾਂ ਕਿਹਾ, “ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਿਆਂ ਦੇ ਬਾਹਰ ਮੇਰੇ ਬਾਈਕਾਟ ਦੇ ਪੋਸਟਰ ਲਗਾਉਣ ਦੇ ਹੁਕਮ ਦਿੱਤੇ ਹਨ। ਹਾਲਾਂਕਿ, ਅਜਿਹੇ ਪੋਸਟਰ ਅਕਾਲੀ ਦਲ ਜਾਂ ਸੁਖਬੀਰ ਬਾਦਲ ਦੇ ਖ਼ਿਲਾਫ਼ ਕਿਉਂ ਨਹੀਂ ਲਾਏ ਗਏ ਜਦੋਂ ਉਨ੍ਹਾਂ ਨੇ ਬੇਅਦਬੀ ਦੀਆਂ ਘਟਨਾਵਾਂ ਦੀ ਜ਼ਿੰਮੇਵਾਰੀ ਕਬੂਲ ਕੀਤੀ ਸੀ?”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਵਾਲ ਕੀਤਾ, “2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਸੁਖਬੀਰ ਬਾਦਲ ਨੇ ਆਪਣੇ ਗੁਨਾਹ ਕਬੂਲ ਕੀਤੇ, ਗ਼ਲਤ ਕੰਮਾਂ ਨੂੰ ਕਬੂਲਿਆ, ਗੋਲੀਬਾਰੀ ਦੀਆਂ ਘਟਨਾਵਾਂ ਦੀ ਜ਼ਿੰਮੇਵਾਰੀ ਲਈ ਅਤੇ ਮੰਨਿਆ ਕਿ ਸੰਗਤ ਵਿਰੁੱਧ ਹੁਕਮ ਦਿੱਤੇ ਗਏ ਸਨ। ਕੀ ਕਿਸੇ ਨੇ ਗੁਰਦੁਆਰਿਆਂ ਦੇ ਬਾਹਰ ਉਨ੍ਹਾਂ ਦੇ ਬਾਈਕਾਟ ਦੇ ਪੋਸਟਰ ਲਾਏ ਸਨ?”
ਮੁੱਖ ਮੰਤਰੀ ਨੇ ਕਿਹਾ ਕਿ ਸੰਗਤ ਸੂਝਵਾਨ ਹੈ ਅਤੇ ਲੋਕ ਸਰਵਉੱਚ ਹਨ। ਮੁੱਖ ਮੰਤਰੀ ਨੇ ਕਿਹਾ, “ਇਹ ਲੋਕ ਹੰਕਾਰ ਵਿੱਚ ਆ ਕੇ ਕੰਮ ਕਰ ਰਹੇ ਹਨ ਕਿਉਂਕਿ ਉਨ੍ਹਾਂ ਕੋਲ ਮੇਰੇ ਖ਼ਿਲਾਫ਼ ਚੁੱਕਣ ਲਈ ਕੋਈ ਅਸਲ ਮੁੱਦਾ ਨਹੀਂ ਬਚਿਆ। ਜਦੋਂ ਮੈਂ ਪਿੰਡਾਂ, ਸਮਾਜਿਕ ਇਕੱਠਾਂ ਅਤੇ ਜਨਤਕ ਮੀਟਿੰਗਾਂ ਵਿੱਚ ਜਾਂਦਾ ਹਾਂ ਤਾਂ ਭਾਰੀ ਭੀੜ ਇਕੱਠੀ ਹੁੰਦੀ ਹੈ। ਵਿਰੋਧੀ ਧਿਰ ਇਸ ਭੀੜ ਨੂੰ ਬਰਦਾਸ਼ਤ ਨਹੀਂ ਕਰ ਸਕਦੀ ਕਿਉਂਕਿ ਉਹ ਖੁਦ ਅਜਿਹਾ ਜਨਤਕ ਸਮਰਥਨ ਹਾਸਲ ਨਹੀਂ ਕਰ ਸਕਦੇ। ਇਸ ਤੋਂ ਬੁਖਲਾ ਕੇ ਰਵਾਇਤੀ ਪਾਰਟੀਆਂ ਮੇਰੇ ‘ਤੇ ਬੇਬੁਨਿਆਦ ਦੋਸ਼ ਲਾ ਕੇ ਬਹੁਤ ਨੀਵੇਂ ਪੱਧਰ ‘ਤੇ ਉਤਰ ਰਹੀਆਂ ਹਨ, ਜਿਸ ਨੂੰ ਲੋਕ ਬਰਦਾਸ਼ਤ ਨਹੀਂ ਕਰਨਗੇ।”
ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਪਾਰਟੀ ਆਪਣੇ ਆਖ਼ਰੀ ਸਾਹਾਂ ‘ਤੇ ਹੈ ਅਤੇ ਬਹੁਤ ਜਲਦ ਖ਼ਤਮ ਹੋ ਜਾਵੇਗੀ ਕਿਉਂਕਿ ਉਸ ਕੋਲ ਲੋਕਾਂ ਅਤੇ ਸੂਬੇ ਲਈ ਦੂਰਅੰਦੇਸ਼ ਸੋਚ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ, “ਇਨ੍ਹਾਂ ਦਾ ਇੱਕੋ ਇੱਕ ਮਕਸਦ ਸੱਤਾ ਹਥਿਆ ਕੇ ਪੰਜਾਬ ਦੇ ਖਜ਼ਾਨੇ ਨੂੰ ਲੁੱਟਣਾ ਹੈ, ਪਰ ਉਨ੍ਹਾਂ ਦੇ ਇਹ ਖੁਆਬ ਕਦੇ ਪੂਰੇ ਨਹੀਂ ਹੋਣਗੇ।”
ਸੂਬੇ ਵਿੱਚ ਸੱਤਾ ਹਥਿਆਉਣ ਦੇ ਦਿਨ-ਦਿਹਾੜੇ ਸੁਪਨੇ ਦੇਖਣ ਵਾਲੇ ਕਾਂਗਰਸੀ ਆਗੂਆਂ ‘ਤੇ ਤਨਜ਼ ਕੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਾਂਗਰਸ ਪਾਰਟੀ ਖੇਰੂੰ-ਖੇਰੂੰ ਹੋਇਆ ਘਰ ਹੈ ਜੋ ਆਪਣੀ ਅੰਦਰੂਨੀ ਲੜਾਈ ਕਾਰਨ ਢਹਿ-ਢੇਰੀ ਹੋ ਜਾਵੇਗਾ। ਉਨ੍ਹਾਂ ਕਿਹਾ, “ਇਹ ਬੜੀ ਅਫ਼ਸੋਸ ਦੀ ਗੱਲ ਹੈ ਕਿ ਸੱਤਾ ਲਈ ਆਪਸ ਵਿੱਚ ਲੜ ਰਹੇ ਇਨ੍ਹਾਂ ਆਗੂਆਂ ਨੂੰ ਇਕੱਠਾ ਕਰਨ ਆਉਣ ਵਾਲੇ ਚੋਟੀ ਦੇ ਕਾਂਗਰਸੀ ਆਗੂਆਂ ਨੂੰ ਇਹ ਵੀ ਨਹੀਂ ਪਤਾ ਕਿ ਉਨ੍ਹਾਂ ਦੇ ਨਾਮ ਦਾ ਉਚਾਰਨ ਕਿਵੇਂ ਕਰਨਾ ਹੈ।”
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਰਕਾਰੀ ਖ਼ਜ਼ਾਨੇ ਦੇ ਇਕ-ਇਕ ਪੈਸੇ  ਦੀ ਵਰਤੋਂ ਲੋਕਾਂ ਦੀ ਭਲਾਈ ਲਈ ਸੁਚੱਜੇ ਢੰਗ ਨਾਲ ਕਰ ਰਹੀ ਹੈ। “ਸੂਬੇ ਦੇ 90 ਫੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ। ਅੱਜ ਕਿਸਾਨਾਂ ਨੂੰ ਵੀ ਦਿਨ ਵੇਲੇ ਬਿਜਲੀ ਮਿਲ ਰਹੀ ਹੈ। ਲੋਕਾਂ ਦੇ ਟੈਕਸ ਦਾ ਪੈਸਾ ਸੂਬੇ ਦਾ ਹੈ ਅਤੇ ਅਸੀਂ ਇਸ ਨੂੰ ਲੋਕਾਂ ਦੀ ਭਲਾਈ ‘ਤੇ ਸਮਝਦਾਰੀ ਨਾਲ ਖ਼ਰਚ ਕਰ ਰਹੇ ਹਾਂ। ਲੋਕਾਂ ਦਾ ਪੈਸਾ ਵਿਕਾਸ, ਸਕੂਲਾਂ, ਹਸਪਤਾਲਾਂ ਅਤੇ ਸੜਕਾਂ ਰਾਹੀਂ ਲੋਕਾਂ ਕੋਲ ਵਾਪਸ ਆ ਰਿਹਾ ਹੈ।”
ਮੁੱਖ ਮੰਤਰੀ ਨੇ ਕਿਹਾ ਕਿ ‘ਆਪ’ ਸਰਕਾਰ ਹੁਣ ਲੋਕਾਂ ਲਈ ਕੰਮ ਕਰ ਰਹੀ ਹੈ ਅਤੇ ਘਰਾਂ ਨੂੰ ਮੁਫ਼ਤ ਬਿਜਲੀ, 68,000 ਤੋਂ ਵੱਧ ਨੌਜਵਾਨਾਂ ਨੂੰ ਬਿਨਾਂ ਭ੍ਰਿਸ਼ਟਾਚਾਰ ਦੇ ਨੌਕਰੀਆਂ, ਬਿਹਤਰ ਸੜਕਾਂ, ਟੋਲ ਪਲਾਜ਼ੇ ਬੰਦ ਕਰਕੇ ਰੋਜ਼ਾਨਾ 70 ਲੱਖ ਰੁਪਏ ਦੀ ਬੱਚਤ, ਮਿਆਰੀ ਸਿੱਖਿਆ ਅਤੇ ਸਿਹਤ ਸਹੂਲਤਾਂ, ਬੁਨਿਆਦੀ ਢਾਂਚੇ ਦਾ ਨਿਰਮਾਣ ਕਰਨ ਦੇ ਨਾਲ-ਨਾਲ ਕਈ ਹੋਰ ਪ੍ਰਮੁੱਖ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ,”ਜਿਸ ਸਮੇਂ ਸੂਬਾ ਸਰਕਾਰ ਨੇ ਸੱਤਾ ਸੰਭਾਲੀ ਸੀ, ਉਸ ਸਮੇਂ ਸੂਬੇ ਵਿੱਚ ਸਿੰਚਾਈ ਲਈ ਸਿਰਫ਼ 22 ਫੀਸਦੀ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾ ਰਹੀ ਸੀ। ਅੱਜ ਇਹ ਵਧ ਕੇ 80 ਫੀਸਦੀ ਤੋਂ ਜ਼ਿਆਦਾ ਹੋ ਗਈ ਹੈ। ਸੂਬਾ ਸਰਕਾਰ ਪਿੰਡਾਂ ਦੇ ਵਿਕਾਸ ਲਈ ਅਣਥੱਕ ਕੰਮ ਕਰ ਰਹੀ ਹੈ, ਜਿਸ ਲਈ ਗ੍ਰਾਂਟਾਂ ਦਿੱਤੀਆਂ ਜਾ ਰਹੀਆਂ ਹਨ।”
ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਵਿਆਪਕ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਸ਼ੁਰੂ ਕੀਤੀ ਹੈ, ਜੋ ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਯੋਜਨਾ ਹੈ ਜੋ ਪੰਜਾਬ ਦੇ ਹਰ ਪਰਿਵਾਰ ਲਈ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਪ੍ਰਦਾਨ ਕਰਦੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਪੰਜਾਬ ਅਜਿਹੀ ਵਿਆਪਕ ਸਿਹਤ ਬੀਮਾ ਕਵਰੇਜ ਪ੍ਰਦਾਨ ਕਰਨ ਵਾਲਾ ਪਹਿਲਾ ਭਾਰਤੀ ਸੂਬਾ ਹੈ, ਜਿਸ ਨੇ ਮਿਆਰੀ ਸਿਹਤ ਸਹੂਲਤਾਂ ਯਕੀਨੀ ਬਣਾਉਂਦੇ ਹੋਏ ਲੋਕਾਂ ‘ਤੇ ਵਿੱਤੀ ਬੋਝ ਨੂੰ ਕਾਫ਼ੀ ਘੱਟ ਕੀਤਾ ਹੈ। ਇਹ ਇਤਿਹਾਸਕ ਕਦਮ ਸੂਬੇ ਦੇ ਸਾਰੇ ਪਰਿਵਾਰਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਚੁੱਕਿਆ ਗਿਆ ਹੈ। ਇਸ ਯੋਜਨਾ ਤਹਿਤ ਲੋਕ ਹੁਣ ਤੱਕ 650 ਕਰੋੜ ਰੁਪਏ ਤੋਂ ਵੱਧ ਦਾ ਮੁਫ਼ਤ ਇਲਾਜ ਕਰਵਾ ਚੁੱਕੇ ਹਨ।”
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ 1 ਜੁਲਾਈ ਤੋਂ 18 ਸਾਲ ਤੋਂ ਵੱਧ ਉਮਰ ਦੀਆਂ ਮਹਿਲਾ ਲਾਭਪਾਤਰੀਆਂ ਨੂੰ ਰਾਸ਼ੀ ਮਿਲਣੀ ਸ਼ੁਰੂ ਹੋ ਜਾਵੇਗੀ। ਇਸ ਯੋਜਨਾ ਤਹਿਤ ਐਸ.ਸੀ. ਵਰਗ ਦੀਆਂ ਔਰਤਾਂ ਨੂੰ 1,500 ਰੁਪਏ ਦੀ ਵਿੱਤੀ ਸਹਾਇਤਾ ਅਤੇ ਬਾਕੀ ਸਾਰੇ ਵਰਗਾਂ ਦੀਆਂ ਔਰਤਾਂ ਨੂੰ 1,000 ਰੁਪਏ ਪ੍ਰਤੀ ਮਹੀਨੇ ਵਿੱਤੀ ਸਹਾਇਤਾ ਮਿਲੇਗੀ ਅਤੇ ਇਸ ਬਾਰੇ ਉਨ੍ਹਾਂ ਦੇ ਮੋਬਾਈਲ ਫ਼ੋਨਾਂ ‘ਤੇ ਜਾਣਕਾਰੀ ਮਿਲੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਫੰਡ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੇ ਜਾਣਗੇ ਅਤੇ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨਾਂ ਪ੍ਰਾਪਤ ਕਰ ਰਹੀਆਂ ਔਰਤਾਂ ਵੀ ਇਸ ਲਈ ਯੋਗ ਹੋਣਗੀਆਂ। ਪੰਜਾਬ ਦੀਆਂ ਲਗਭਗ 97 ਫੀਸਦੀ ਔਰਤਾਂ ਨੂੰ ਇਸ ਯੋਜਨਾ ਦਾ ਲਾਭ ਮਿਲਣ ਦੀ ਉਮੀਦ ਹੈ ਅਤੇ ਸੂਬਾ ਸਰਕਾਰ ਨੇ ਇਸ ਲਈ 9,300 ਕਰੋੜ ਰੁਪਏ ਦਾ ਬਜਟ ਰੱਖਿਆ ਹੈ।”

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ

ਚੰਡੀਗੜ੍ਹ, 27 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

2027 ਦੀਆਂ ਪੰਜਾਬ ਵਿਧਾਨ ਸਭਾ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਦੀਆਂ ਚਰਚਾਵਾਂ ਦੇ ਚਲਦਿਆਂ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਵੱਡਾ ਬਿਆਨ ਦਿੱਤਾ ਹੈ। ਨਿਤਿਨ ਨਬੀਨ ਨੇ ਕਿਹਾ ਕਿ ਫਿਲਹਾਲ ਅਸੀਂ ਇਸ ਬਾਰੇ ਕੁੱਝ ਨਹੀਂ ਸੋਚ ਤੇ ਆਉਣ ਵਾਲੇ 6 ਮਹੀਨੇ ਬਾਅਦ ਫੈਸਲਾ ਲਾਵਾਂਗੇ। ਉਨ੍ਹਾਂ ਇਹ ਵੀ ਕਿਹਾ ਕਿ ਅਸੀਂ ਆਪਣੀ ਪਾਰਟੀ ਨੂੰ ਮਜ਼ਬੂਤ ਕਰ ਰਹੇ ਹਨ, ਆਉਣ ਵਾਲੇ 6 ਮਹੀਨੇ ਜਿਸ ਗਠਜੋੜ ਨੂੰ ਲੈ ਕੇ ਗੱਲਬਾਤ ਕੀਤੀ ਜਾ ਰਹੀ ਹੈ, ਅਜੇ ਉਸ ‘ਤੇ ਫੈਸਲਾ ਲੈਣ ਬਾਰੇ ਬਹੁਤ ਸਮਾਂ ਹੈ। ਅਜੇ ਇਸ ਬਾਰੇ ਕੋਈ ਮੁਲਾਂਕਣ ਕਰਨ ਦਾ ਤੁਕ ਨਹੀਂ ਬਣਦਾ। ਸਮਾਂ ਆਵੇਗਾ ਤਾਂ ਉਸ ‘ਤੇ ਫੈਸਲਾ ਲਿਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਗਠਜੋੜ ਕਰਨਾ ਹੈ ਕਿ ਨਹੀਂ, ਇਹ ਆਉਣ ਵਾਲਾ ਸਮਾਂ ਤੇ ਹਾਲਾਤ ਤੈਅ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਅਸੀਂ ਨਾ ਤਾਂ ਇਸ ਦੇ ਹੱਕ ‘ਚ ਹਾਂ ਤੇ ਨਾ ਹੀ ਵਿਰੋਧ ‘ਚ ਹਾਂ। ਸਮੇਂ ਦੇ ਬੀਤਣ ਨਾਲ ਕੁਝ ਚੀਜ਼ਾਂ ਹੁੰਦੀਆਂ ਹਨ ਤੇ ਅਸੀਂ ਉਸ ਨੂੰ ਉਸ ਸਮੇਂ ਹੱਲ ਕਰਾਂਗੇ।

ਸ਼ਿਮਲਾ ‘ਚ ਭਿਆਨਕ ਹਾਦਸਾ, ਡੂੰਘੀ ਖੱਡ ‘ਚ ਡਿੱਗੀ ਗੱਡੀ, 6 ਦੀ ਮੌਤ

ਸ਼ਿਮਲਾ, 27 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਵਿੱਚ ਇਕ ਪਿਕਅੱਪ ਗੱਡੀ ਦੇ ਖੱਡ ਵਿੱਚ ਡਿੱਗਣ ਕਾਰਨ ਵਾਪਰੇ ਭਿਆਨਕ ਹਾਦਸੇ ਵਿੱਚ 6 ਲੋਕਾਂ ਦੀ ਮੌਤ ਹੋਣ ਦੀ ਦੁੱਖਦਾਈ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਹਿਮਾਚਲ ਨੰਬਰ ਦੀ ਪਿਕਅੱਪ ਗੱਡੀ ਰਾਮਪੁਰ ਦੇ ਉਰਮਨ ਵਿੱਚ ਇਕ ਡੂੱਘੀ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ 6 ਲੋਕਾਂ ਦੀ ਮੌਤੇ ਉਤੇ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ ਅਭਿਸ਼ੇਕ ਸੰਨੀ (23), ਲਾਇਕ ਰਾਮ (56), ਅਸ਼ੋਕ ਜੈਨ (32) (ਪਿਕਅੱਪ ਡਰਾਈਵਰ), ਨਿਤਿਨ (23) ਸਾਰੇ ਤਹਿਸੀਲ ਰਾਮਪੁਰ, ਜ਼ਿਲ੍ਹਾ ਸ਼ਿਮਲਾ, ਆਸ਼ਾ ਕੁਮਾਰੀ (40) ਤਹਿਸੀਲ ਐਨੀ, ਜ਼ਿਲ੍ਹਾ ਕੁੱਲੂ ਅਤੇ ਯੁਗਲ (12) ਤਹਿਸੀਲ ਐਨੀ, ਜ਼ਿਲ੍ਹਾ ਕੁੱਲੂ ਵਜੋਂ ਹੋਈ ਹੈ। ਇਸ ਘਟਨਾ ਦਾ ਇਕ ਵੀਡੀਓ ਵੀ ਸਾਹਮਣੇ ਆਇਆ ਹੈ। ਹਾਦਸੇ ਸਮੇਂ ਪਿਕਅੱਪ ਗੱਡੀ ਵਿੱਚ ਸਵਾਰ ਔਰਤ ਫੇਸਬੁੱਕ ‘ਤੇ ਲਾਈਵ ਹੋ ਰਹੀ ਸੀ, ਜੋ ਆਪਣੇ ਨਾਨਾ-ਨਾਨੀ ਦਾ ਘਰ ਦਿਖਾ ਰਹੀ ਸੀ। ਅਚਾਨਕ, ਗੱਡੀ ਕੰਟਰੋਲ ਗੁਆ ਬੈਠੀ ਅਤੇ ਖੱਡ ਵਿੱਚ ਡਿੱਗ ਗਈ।

ਇਸ ਘਟਨਾ ਦਾ ਪਤਾ ਚਲਦਿਆਂ ਪੁਲਿਸ ਤੇ ਬਚਾਅ ਟੀਮਾਂ ਮੌਕੇ ਉਤੇ ਪਹੁੰਚ ਗਈਆਂ। ਲਾਸ਼ਾਂ ਨੂੰ ਕੱਢ ਕੇ ਪੋਸਟਮਾਰਟ ਲਈ ਭੇਜ ਦਿੱਤਾ। ਪੁਲਿਸ ਵੱਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ : ਅੱਜ ਦਾ ਹੁਕਮਨਾਮਾ

ਮੁੱਖਵਾਕ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ

27-06-2026

ਬਿਲਾਵਲੁ ਮਹਲਾ ੩ ਘਰੁ ੧

ੴ ਸਤਿਗੁਰ ਪ੍ਰਸਾਦਿ ॥ਧ੍ਰਿਗੁ ਧ੍ਰਿਗੁ ਖਾਇਆ ਧ੍ਰਿਗੁ ਧ੍ਰਿਗੁ ਸੋਇਆ ਧ੍ਰਿਗੁ ਧ੍ਰਿਗੁ ਕਾਪੜੁ ਅੰਗਿ ਚੜਾਇਆ ॥ ਧ੍ਰਿਗੁ ਸਰੀਰੁ ਕੁਟੰਬ ਸਹਿਤ ਸਿਉ ਜਿਤੁ ਹੁਣਿ ਖਸਮੁ ਨ ਪਾਇਆ ॥ ਪਉੜੀ ਛੁੜਕੀ ਫਿਰਿ ਹਾਥਿ ਨ ਆਵੈ ਅਹਿਲਾ ਜਨਮੁ ਗਵਾਇਆ ॥੧॥ ਦੂਜਾ ਭਾਉ ਨ ਦੇਈ ਲਿਵ ਲਾਗਣਿ ਜਿਨਿ ਹਰਿ ਕੇ ਚਰਣ ਵਿਸਾਰੇ ॥ ਜਗਜੀਵਨ ਦਾਤਾ ਜਨ ਸੇਵਕ ਤੇਰੇ ਤਿਨ ਕੇ ਤੈ ਦੂਖ ਨਿਵਾਰੇ ॥੧॥ ਰਹਾਉ ॥ ਤੂ ਦਇਆਲੁ ਦਇਆਪਤਿ ਦਾਤਾ ਕਿਆ ਏਹਿ ਜੰਤ ਵਿਚਾਰੇ ॥ ਮੁਕਤ ਬੰਧ ਸਭਿ ਤੁਝ ਤੇ ਹੋਏ ਐਸਾ ਆਖਿ ਵਖਾਣੇ ॥ ਗੁਰਮੁਖਿ ਹੋਵੈ ਸੋ ਮੁਕਤੁ ਕਹੀਐ ਮਨਮੁਖ ਬੰਧ ਵਿਚਾਰੇ ॥੨॥ ਸੋ ਜਨੁ ਮੁਕਤੁ ਜਿਸੁ ਏਕ ਲਿਵ ਲਾਗੀ ਸਦਾ ਰਹੈ ਹਰਿ ਨਾਲੇ ॥ ਤਿਨ ਕੀ ਗਹਣ ਗਤਿ ਕਹੀ ਨ ਜਾਈ ਸਚੈ ਆਪਿ ਸਵਾਰੇ ॥ ਭਰਮਿ ਭੁਲਾਣੇ ਸਿ ਮਨਮੁਖ ਕਹੀਅਹਿ ਨਾ ਉਰਵਾਰਿ ਨ ਪਾਰੇ ॥੩॥ ਜਿਸ ਨੋ ਨਦਰਿ ਕਰੇ ਸੋਈ ਜਨੁ ਪਾਏ ਗੁਰ ਕਾ ਸਬਦੁ ਸਮੑਾਲੇ ॥ ਹਰਿ ਜਨ ਮਾਇਆ ਮਾਹਿ ਨਿਸਤਾਰੇ ॥ ਨਾਨਕ ਭਾਗੁ ਹੋਵੈ ਜਿਸੁ ਮਸਤਕਿ ਕਾਲਹਿ ਮਾਰਿ ਬਿਦਾਰੇ ॥੪॥੧॥

ਸ਼ਨਿੱਚਰਵਾਰ, ੧੩ ਹਾੜ (ਸੰਮਤ ੫੫੮ ਨਾਨਕਸ਼ਾਹੀ)(ਅੰਗ: ੭੯੬)

ਪੰਜਾਬੀ ਵਿਆਖਿਆ

ਹੇ ਭਾਈ! ਜੇ ਇਸ ਸਰੀਰ ਦੀ ਰਾਹੀਂ ਇਸ ਜਨਮ ਵਿਚ ਖਸਮ-ਪ੍ਰਭੂ ਦਾ ਮਿਲਾਪ ਹਾਸਲ ਨਹੀਂ ਕੀਤਾ, ਤਾਂ ਇਹ ਸਰੀਰ ਫਿਟਕਾਰ-ਜੋਗ ਹੈ, (ਨੱਕ ਕੰਨ ਅੱਖਾਂ ਆਦਿਕ ਸਾਰੇ) ਪਰਵਾਰ ਸਮੇਤ ਫਿਟਕਾਰ-ਜੋਗ ਹੈ । (ਮਨੁੱਖ ਦਾ ਸਭ ਕੁਝ) ਖਾਣਾ ਫਿਟਕਾਰ-ਜੋਗ ਹੈ, ਸੌਣਾ (ਸੁਖ-ਆਰਾਮ) ਫਿਟਕਾਰ-ਜੋਗ ਹੈ, ਸਰੀਰ ਉਤੇ ਕੱਪੜਾ ਪਹਿਨਣਾ ਫਿਟਕਾਰ-ਜੋਗ ਹੈ । (ਹੇ ਭਾਈ! ਇਹ ਮਨੁੱਖਾ ਸਰੀਰ ਪ੍ਰਭੂ ਦੇ ਦੇਸ ਵਿਚ ਪਹੁੰਚਣ ਲਈ ਪੌੜੀ ਹੈ) ਜੇ ਇਹ ਪੌੜੀ (ਹੱਥੋਂ) ਨਿਕਲ ਜਾਏ ਤਾਂ ਮੁੜ ਹੱਥ ਵਿਚ ਨਹੀਂ ਆਉਂਦੀ । ਮਨੁੱਖ ਆਪਣਾ ਬੜਾ ਕੀਮਤੀ ਜੀਵਨ ਗਵਾ ਲੈਂਦਾ ਹੈ ।੧।ਹੇ ਭਾਈ! ਮਾਇਆ ਦਾ ਮੋਹ, ਜਿਸ ਨੇ (ਜੀਵਾਂ ਨੂੰ) ਪਰਮਾਤਮਾ ਦੇ ਚਰਨ (ਮਨ ਵਿਚ ਵਸਾਣੇ) ਭੁਲਾ ਦਿੱਤੇ ਹਨ, (ਪਰਮਾਤਮਾ ਦੇ ਚਰਨਾਂ ਵਿਚ) ਸੁਰਤਿ ਜੋੜਨ ਨਹੀਂ ਦੇਂਦਾ । ਹੇ ਪ੍ਰਭੂ! ਤੂੰ ਆਪ ਹੀ ਜਗਤ ਨੂੰ ਆਤਮਕ ਜੀਵਨ ਦੇਣ ਵਾਲਾ ਹੈਂ । ਜੇਹੜੇ ਬੰਦੇ ਤੇਰੇ ਸੇਵਕ ਬਣਦੇ ਹਨ, ਉਹਨਾਂ ਦੇ ਤੂੰ (ਮੋਹ ਤੋਂ ਪੈਦਾ ਹੋਣ ਵਾਲੇ ਸਾਰੇ) ਦੁੱਖ ਦੂਰ ਕਰ ਦਿੱਤੇ ਹਨ ।੧।ਰਹਾਉ।ਹੇ ਪ੍ਰਭੂ! ਤੂੰ (ਆਪ ਹੀ) ਦਇਆ ਦਾ ਘਰ ਹੈਂ, ਦਇਆ ਦਾ ਮਾਲਕ ਹੈਂ, ਤੂੰ ਆਪ ਹੀ (ਆਪਣੇ ਚਰਨਾਂ ਦੀ ਪ੍ਰੀਤ) ਦੇਣ ਵਾਲਾ ਹੈਂ (ਤੇਰੇ ਪੈਦਾ ਕੀਤੇ) ਇਹਨਾਂ ਜੀਵਾਂ ਦੇ ਵੱਸ ਵਿਚ ਕੁਝ ਨਹੀਂ । ਤੇਰੇ ਹੀ ਹੁਕਮ ਵਿਚ ਕਈ ਜੀਵ ਮਾਇਆ ਦੇ ਮੋਹ ਤੋਂ ਆਜ਼ਾਦ ਹੋ ਜਾਂਦੇ ਹਨ, ਕਈ ਜੀਵ ਮੋਹ ਵਿਚ ਬੱਝੇ ਰਹਿੰਦੇ ਹਨ—ਕੋਈ ਵਿਰਲਾ ਗੁਰਮੁਖਿ ਇਹ ਗੱਲ ਆਖ ਕੇ ਸਮਝਾਂਦਾ ਹੈ । ਜੇਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ ਉਹ ਮਾਇਆ ਦੇ ਮੋਹ ਤੋਂ ਆਜ਼ਾਦ ਕਿਹਾ ਜਾਂਦਾ ਹੈ, ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਵਿਚਾਰੇ ਮੋਹ ਵਿਚ ਬੱਝੇ ਰਹਿੰਦੇ ਹਨ ।੨।ਜਿਸ ਮਨੁੱਖ ਦੀ ਸੁਰਤਿ ਇਕ ਪ੍ਰਭੂ ਵਿਚ ਜੁੜੀ ਰਹਿੰਦੀ ਹੈ ਉਹ ਮਨੁੱਖ ਮੋਹ ਤੋਂ ਆਜ਼ਾਦ ਹੋ ਜਾਂਦਾ ਹੈ, ਉਹ ਸਦਾ ਪ੍ਰਭੂ-ਚਰਨਾਂ ਵਿਚ ਜੁੜਿਆ ਰਹਿੰਦਾ ਹੈ । ਇਹੋ ਜਿਹੇ ਬੰਦਿਆਂ ਦੀ ਡੂੰਘੀ ਆਤਮਕ ਅਵਸਥਾ ਬਿਆਨ ਨਹੀਂ ਕੀਤੀ ਜਾ ਸਕਦੀ । ਥਿਰ ਰਹਿਣ ਵਾਲੇ ਪ੍ਰਭੂ ਨੇ ਆਪ ਹੀ ਉਹਨਾਂ ਦਾ ਜੀਵਨ ਸੋਹਣਾ ਬਣਾ ਦਿੱਤਾ ਹੁੰਦਾ ਹੈ । ਪਰ ਜੇਹੜੇ ਬੰਦੇ ਮਾਇਆ ਦੀ ਭਟਕਣਾ ਵਿਚ ਪੈ ਕੇ ਜੀਵਨ-ਰਾਹ ਤੋਂ ਖੁੰਝੇ ਰਹਿੰਦੇ ਹਨ, ਉਹ ਬੰਦੇ ਮਨਮੁਖ ਕਹੇ ਜਾਂਦੇ ਹਨ (ਉਹ ਮਾਇਆ ਦੇ ਮੋਹ ਦੇ ਸਮੁੰਦਰ ਵਿਚ ਡੁੱਬੇ ਰਹਿੰਦੇ ਹਨ) ਉਹ ਨਾਹ ਉਰਲੇ ਪਾਸੇ ਜੋਗੇ ਅਤੇ ਨਾਹ ਪਾਰ ਲੰਘਣ ਜੋਗੇ ।੩।(ਪਰ ਜੀਵ ਦੇ ਕੀਹ ਵੱਸ?) ਜਿਸ ਮਨੁੱਖ ਉਤੇ ਪ੍ਰਭੂ ਮੇਹਰ ਦੀ ਨਿਗਾਹ ਕਰਦਾ ਹੈ ਉਹੀ ਮਨੁੱਖ (ਗੁਰੂ ਦਾ ਸ਼ਬਦ) ਪ੍ਰਾਪਤ ਕਰਦਾ ਹੈ, ਉਹ ਮਨੁੱਖ ਗੁਰੂ ਦੇ ਸ਼ਬਦ ਨੂੰ ਆਪਣੇ ਹਿਰਦੇ ਵਿਚ ਸਾਂਭ ਕੇ ਰੱਖਦਾ ਹੈ । (ਇਸੇ ਤਰ੍ਹਾਂ) ਪ੍ਰਭੂ ਆਪਣੇ ਸੇਵਕਾਂ ਨੂੰ ਮਾਇਆ ਵਿਚ (ਰੱਖ ਕੇ ਭੀ, ਮੋਹ ਦੇ ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ । ਹੇ ਨਾਨਕ! ਜਿਸ ਮਨੁੱਖ ਦੇ ਮੱਥੇ ਉਤੇ ਭਾਗ ਜਾਗ ਪੈਂਦਾ ਹੈ, ਉਹ (ਆਪਣੇ ਅੰਦਰੋਂ) ਆਤਮਕ ਮੌਤ ਨੂੰ ਮਾਰ ਕੇ ਮੁਕਾ ਦੇਂਦਾ ਹੈ ।੪।੧।

English Translation

BILAAVAL, THIRD MEHL,

FIRST HOUSE:ONE UNIVERSAL CREATOR GOD. BY THE GRACE OF THE TRUE GURU:Cursed, cursed is the food; cursed, cursed is the sleep; cursed, cursed are the clothes worn on the body. Cursed is the body, along with family and friends, when one does not find his Lord and Master in this life. He misses the step of the ladder, and this opportunity will not come into his hands again; his life is wasted, uselessly. || 1 || The love of duality does not allow him to lovingly focus his attention on the Lord; he forgets the Feet of the Lord. O Life of the World, O Great Giver, you eradicate the sorrows of your humble servants. || 1 || Pause || You are Merciful, O Great Giver of Mercy; what are these poor beings? All are liberated or placed into bondage by You; this is all one can say. One who becomes Gurmukh is said to be liberated, while the poor self-willed manmukhs are in bondage. || 2 || He alone is liberated, who lovingly focuses his attention on the One Lord, always dwelling with the Lord. His depth and condition cannot be described. The True Lord Himself embellishes him. Those who wander around, deluded by doubt, are called manmukhs; they are neither on this side, nor on the other side. || 3 || That humble being, who is blessed by the Lord’s Glance of Grace obtains Him, and contemplates the Word of the Guru’s Shabad. In the midst of Maya, the Lord’s servant is emancipated. O Nanak, one who has such destiny inscribed upon his forehead, conquers and destroys death. || 4 || 1 |

|Saturday, 13th Assaar (Samvat 558 Nanakshahi)(Page: 796)

ਪਿੰਡਾਂ ਦਾ ਸਰਬਪੱਖੀ ਵਿਕਾਸ ਹੀ ਪੰਜਾਬ ਨੂੰ ਦੇਸ਼ ਭਰ ਵਿੱਚੋਂ ਨੰਬਰ ਇਕ ਸੂਬਾ ਬਣਾਏਗਾ: ਮੁੱਖ ਮੰਤਰੀ ਭਗਵੰਤ ਮਾਨ

ਪਟਿਆਲਾ; 26 ਜੂਨ 2026, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ ਸੰਕੀਰਨ ਸੋਚ ਤੋਂ ਉੱਪਰ ਉੱਠ ਕੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਤਨਦੇਹੀ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਇਥੇ ‘ਸਰਪੰਚ ਮਿਲਣੀ’ ਦੌਰਾਨ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸਰਪੰਚਾਂ ਨੂੰ 15 ਅਗਸਤ ਤੋਂ 10,000 ਰੁਪਏ ਪ੍ਰਤੀ ਮਹੀਨਾ ਮਾਣਭੱਤਾ ਮਿਲੇਗਾ। ਉਨ੍ਹਾਂ ਨੇ ਸਰਪੰਚਾਂ ਨੂੰ ਜਨਤਕ ਫੰਡਾਂ ਦੀ ਪਾਰਦਰਸ਼ੀ ਵਰਤੋਂ ਯਕੀਨੀ ਬਣਾਉਣ, ਧੜੇਬੰਦੀ ਨੂੰ ਖ਼ਤਮ ਕਰਨ, ਆਪਸੀ ਭਾਈਚਾਰਕ ਸਾਂਝ ਵਧਾਉਣ ਅਤੇ ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਯਤਨਾਂ ਦੀ ਅਗਵਾਈ ਕਰਨ ਦੀ ਅਪੀਲ ਵੀ ਕੀਤੀ।
‘ਸਰਪੰਚ ਮਿਲਣੀ’ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਚਾਇਤਾਂ ਨੂੰ ਲੋਕਤੰਤਰ ਦੀ ਨੀਂਹ ਵਜੋਂ ਜਾਣਿਆ ਜਾਂਦਾ ਹੈ ਕਿਉਂਕਿ ਪੰਚਾਇਤਾਂ ਕੋਲ ਅਥਾਹ ਸ਼ਕਤੀਆਂ ਹੁੰਦੀਆਂ ਹਨ ਅਤੇ ਇਨ੍ਹਾਂ ਦੇ ਫੈਸਲਿਆਂ ਨੂੰ ਪੂਰੇ ਪਿੰਡ ਵੱਲੋਂ ਸਤਿਕਾਰ ਨਾਲ ਮੰਨਿਆ ਜਾਂਦਾ ਹੈ। ਪਿੰਡ ਵਾਸੀਆਂ ਦੇ ਹਿੱਤਾਂ ਦੀ ਰਾਖੀ ਕਰਨਾ ਅਤੇ ਉਨ੍ਹਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨਾ ਹਰ ਸਰਪੰਚ ਦਾ ਨੈਤਿਕ ਫਰਜ਼ ਹੈ। ਸਾਡੇ ਦੇਸ਼ ਦੀ ਲਗਭਗ 70 ਫੀਸਦੀ ਆਬਾਦੀ ਪਿੰਡਾਂ ਵਿੱਚ ਰਹਿੰਦੀ ਹੈ, ਜਿਸ ਕਾਰਨ ਪੰਚਾਇਤੀ ਰਾਜ ਸੰਸਥਾਵਾਂ ਨੂੰ ਲੋਕਤੰਤਰ ਦਾ ਧੁਰਾ ਮੰਨਿਆ ਜਾਂਦਾ ਹੈ।”
ਮੁੱਖ ਮੰਤਰੀ ਨੇ ਕਿਹਾ, “ਇਹ ਸੰਸਥਾਵਾਂ ਸੂਬਾ ਸਰਕਾਰ ਦੀਆਂ ਲੋਕ-ਪੱਖੀ ਅਤੇ ਵਿਕਾਸ-ਮੁਖੀ ਸਕੀਮਾਂ ਦੇ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਲਈ ਅਹਿਮ ਜ਼ਰੀਏ ਵਜੋਂ ਕੰਮ ਕਰਦੀਆਂ ਹਨ। ਸੂਬਾ ਸਰਕਾਰ ਨੀਤੀਆਂ ਬਣਾਉਂਦੀ ਹੈ, ਜਦਕਿ ਸਰਪੰਚ ਅਤੇ ਪੰਚ ਇਨ੍ਹਾਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਵਿੱਚ ਵੱਡੀ ਭੂਮਿਕਾ ਨਿਭਾਉਂਦੇ ਹਨ। ਮੈਂ ਸਾਰੇ ਸਰਪੰਚਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਅੱਜ ਤੋਂ ਹੀ ਵਿਕਾਸ ਕਾਰਜਾਂ ਲਈ ਆਪਣੇ ਆਪ ਨੂੰ ਮੁੜ ਸਮਰਪਿਤ ਕਰਨ ਤਾਂ ਜੋ ਲੋਕਾਂ ਨੂੰ ਇਸ ਦਾ ਭਰਪੂਰ ਲਾਭ ਮਿਲ ਸਕੇ।”
ਇੱਕ ਵੱਡਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਸਰਪੰਚਾਂ ਨੂੰ 15 ਅਗਸਤ ਤੋਂ 10,000 ਰੁਪਏ ਪ੍ਰਤੀ ਮਹੀਨਾ ਮਾਣਭੱਤਾ ਦਿੱਤਾ ਜਾਵੇਗਾ। ਇਸ ਤੋਂ ਪਹਿਲਾਂ ਪਿਛਲੀਆਂ ਸਰਕਾਰਾਂ ਨੇ ਸਰਪੰਚਾਂ ਨੂੰ 1,200 ਰੁਪਏ ਮਾਣਭੱਤਾ ਦੇਣ ਦਾ ਵਾਅਦਾ ਕੀਤਾ ਸੀ, ਪਰ ਉਹ ਫੈਸਲਾ ਕਦੇ ਅਮਲੀ ਰੂਪ ਵਿੱਚ ਸਾਹਮਣੇ ਨਹੀਂ ਆਇਆ ਅਤੇ ਸਰਪੰਚਾਂ ਨੂੰ ਆਪਣੇ ਹੱਕ ਲੈਣ ਲਈ ਦਰ-ਦਰ ਭਟਕਣਾ ਪੈਂਦਾ ਸੀ। ਹਾਲਾਂਕਿ, ਸਾਡੀ ਸਰਕਾਰ ਨੇ ਸਰਪੰਚਾਂ ਨੂੰ 2,000 ਰੁਪਏ ਮਾਣਭੱਤਾ ਦੇਣਾ ਸ਼ੁਰੂ ਕੀਤਾ ਸੀ, ਜਿਸ ਨੂੰ ਹੁਣ ਵਧਾ ਕੇ 10,000 ਰੁਪਏ ਪ੍ਰਤੀ ਮਹੀਨਾ ਕੀਤਾ ਜਾਵੇਗਾ।”
ਮੁੱਖ ਮੰਤਰੀ ਨੇ ਕਿਹਾ, “ਸਾਡੀ ਸਰਕਾਰ ਉਨ੍ਹਾਂ ਕਾਰਜਾਂ ਲਈ ਗ੍ਰਾਂਟਾਂ ਜਾਰੀ ਕਰ ਰਹੀ ਹੈ ਜੋ ਜਨਤਕ ਤੌਰ ‘ਤੇ ਬਹੁਤ ਮਹੱਤਵਪੂਰਨ ਹਨ ਅਤੇ ਇਹ ਪਹਿਲਾਂ ਹੀ ਪੰਚਾਇਤਾਂ ਦੀ ਸਿੱਧੀ ਨਿਗਰਾਨੀ ਹੇਠ ਹਨ। ਇਸੇ ਤਰ੍ਹਾਂ ਪਿੰਡਾਂ ਦੇ ਵਿਕਾਸ ਨਾਲ ਸਬੰਧਤ ਵੱਖ-ਵੱਖ ਕਾਰਜ ਵੀ ਸਰਪੰਚਾਂ ਦੀ ਅਗਵਾਈ ਹੇਠ ਕੀਤੇ ਜਾਂਦੇ ਹਨ। ਸਰਪੰਚਾਂ ਨੂੰ ਇਨ੍ਹਾਂ ਕਾਰਜਾਂ ਅਤੇ ਸੇਵਾਵਾਂ ਦੀ ਤਨਦੇਹੀ ਨਾਲ ਨਿਗਰਾਨੀ ਯਕੀਨੀ ਬਣਾਉਣੀ ਚਾਹੀਦੀ ਹੈ। ਇਹ ਹਰ ਸਰਪੰਚ ਦਾ ਨੈਤਿਕ ਫਰਜ਼ ਹੈ ਕਿ ਉਹ ਕਰਦਾਤਾਵਾਂ ਦੇ ਇਕ-ਇਕ ਪੈਸੇ ਦੀ ਪੂਰੀ ਪਾਰਦਰਸ਼ੀ ਢੰਗ ਨਾਲ ਵਰਤੋਂ ਨੂੰ ਯਕੀਨੀ ਬਣਾਏ।”
ਸਰਪੰਚਾਂ ਨੂੰ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, “ਸਰਪੰਚ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੇ ਨਾਜਾਇਜ਼ ਦਖ਼ਲ ਤੋਂ ਦੂਰ ਰਹਿਣ। ਇਹ ਬਹੁਤ ਮੰਦਭਾਗਾ ਹੈ ਕਿ ਪਿਛਲੇ ਸਮੇਂ ਵਿੱਚ ਪਿੰਡਾਂ ‘ਚ ਕਈ ਕੰਮ ਵੱਡੇ ਪੱਧਰ ‘ਤੇ ਧੜੇਬੰਦੀ ਕਾਰਨ ਲੀਹ ਤੋਂ ਲਹਿ ਗਏ। ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਸਰਪੰਚਾਂ ਨੂੰ ਪਿੰਡਾਂ ਵਿੱਚੋਂ ਧੜੇਬੰਦੀ ਖ਼ਤਮ ਕਰਨ ਨੂੰ ਮੁੱਖ ਤਰਜੀਹ ਦੇਣੀ ਚਾਹੀਦੀ ਹੈ। ਲੋਕਤੰਤਰ ਵਿੱਚ ਬਹੁਮਤ ਹਾਸਲ ਕਰਨ ਵਾਲਾ ਵਿਅਕਤੀ ਜਾਂ ਪਾਰਟੀ ਜੇਤੂ ਹੁੰਦੀ ਹੈ, ਪਰ ਇੱਕ ਵਾਰ ਚੁਣੇ ਜਾਣ ਤੋਂ ਬਾਅਦ ਸਰਪੰਚ ਪੂਰੇ ਪਿੰਡ ਦਾ ਹੁੰਦਾ ਹੈ।”
ਮੁੱਖ ਮੰਤਰੀ ਨੇ ਅੱਗੇ ਕਿਹਾ, “ਸਰਪੰਚਾਂ ਨੂੰ ਪਿੰਡ ਦੇ ਹਰ ਨਿਵਾਸੀ ਨਾਲ ਬਰਾਬਰ ਦਾ ਵਿਹਾਰ ਕਰਨਾ ਚਾਹੀਦਾ ਹੈ ਅਤੇ ਹਰ ਫੈਸਲਾ ਨਿਰਪੱਖਤਾ ਨਾਲ ਲਿਆ ਜਾਣਾ ਚਾਹੀਦਾ ਹੈ। ਅਜਿਹੇ ਕਈ ਸਰਪੰਚ ਹਨ ਜਿਨ੍ਹਾਂ ਨੇ ਆਪਣੀ ਸਿਆਣਪ ਅਤੇ ਦੂਰਅੰਦੇਸ਼ੀ ਸਦਕਾ ਆਪਣੇ ਪਿੰਡਾਂ ਦੀ ਨੁਹਾਰ ਬਦਲ ਦਿੱਤੀ ਹੈ। ਸਰਪੰਚਾਂ ਨੂੰ ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਵੱਲ ਮੁੱਖ ਜ਼ੋਰ ਦੇਣਾ ਚਾਹੀਦਾ ਹੈ ਤਾਂ ਜੋ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਕੀਤਾ ਜਾ ਸਕੇ। ਉਨ੍ਹਾਂ ਨੂੰ ਪਿੰਡਾਂ ਵਿੱਚ ਆਪਸੀ ਸਾਂਝ, ਸ਼ਾਂਤੀ ਅਤੇ ਭਾਈਚਾਰਕ ਮਾਹੌਲ ਨੂੰ ਮਜ਼ਬੂਤ ਕਰਨ ਲਈ ਵੀ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ।”
ਮੁੱਖ ਮੰਤਰੀ ਨੇ ਕਿਹਾ, “ਪਿੰਡਾਂ ਵਿੱਚ ਵਿਕਾਸ ਅਤੇ ਖੁਸ਼ਹਾਲੀ ਦੀ ਰਫ਼ਤਾਰ ਨੂੰ ਹੋਰ ਹੁਲਾਰਾ ਦੇਣਾ ਸਮੇਂ ਦੀ ਲੋੜ ਹੈ। ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਤਰੱਕੀ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਸਰਪੰਚ ਸਰਕਾਰ ਅਤੇ ਪਿੰਡਾਂ ਵਿਚਕਾਰ ਇੱਕ ਕੜੀ ਹੁੰਦੇ ਹਨ, ਇਸ ਲਈ ਤੁਹਾਨੂੰ ਪਿੰਡਾਂ ਦੇ ਵਿਕਾਸ ਵਿੱਚ ਮੋਹਰੀ ਭੂਮਿਕਾ ਨਿਭਾਉਣੀ ਚਾਹੀਦੀ ਹੈ।”
ਸਰਪੰਚਾਂ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਾਅਵਾ ਕੀਤਾ, “ਪਿੰਡਾਂ ਵਿੱਚ ਵਿਕਾਸ ਕਾਰਜ ਕਰਵਾਉਣ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਆਪਣੇ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਤਰਜੀਹ ਦਿਓ ਤਾਂ ਜੋ ਸੂਬਾ ਸਰਕਾਰ ਉਨ੍ਹਾਂ ‘ਤੇ ਕੰਮ ਸ਼ੁਰੂ ਕਰਵਾ ਸਕੇ। ਮੈਂ ਤੁਹਾਨੂੰ ਸਾਰਿਆਂ ਨੂੰ ਅਪੀਲ ਕਰਦਾ ਹਾਂ ਕਿ ਸੂਬੇ ਦੇ ਪਿੰਡਾਂ ਦੀ ਨੁਹਾਰ ਬਦਲਣ ਲਈ ਇੱਕ ਉਸਾਰੂ ਮੁਹਿੰਮ ਸ਼ੁਰੂ ਕਰਕੇ ਸਰਗਰਮ ਭੂਮਿਕਾ ਨਿਭਾਓ ਤਾਂ ਜੋ ਅਸੀਂ ਸਾਰੇ ਮਿਲ ਕੇ ‘ਰੰਗਲਾ ਪੰਜਾਬ’ ਸਿਰਜ ਸਕੀਏ। ਪਿੰਡਾਂ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਸਖ਼ਤ ਮਿਹਨਤ ਕਰੋ। ਸੂਬਾ ਸਰਕਾਰ ਇਸ ਨੇਕ ਕਾਰਜ ਲਈ ਪੂਰੀ ਤਰ੍ਹਾਂ ਵਚਨਬੱਧ ਹੈ।”
ਮੁੱਖ ਮੰਤਰੀ ਨੇ ਕਿਹਾ, “ਸੂਬੇ ਵਿੱਚ ਸਭ ਤੋਂ ਔਖੀ ਚੋਣ ਸਰਪੰਚ ਦੀ ਹੁੰਦੀ ਹੈ ਕਿਉਂਕਿ ਸਰਪੰਚ ਹੀ ਹੁੰਦੇ ਹਨ ਜੋ ਜ਼ਮੀਨੀ ਪੱਧਰ ‘ਤੇ ਲੋਕਾਂ ਨਾਲ ਜੁੜੇ ਹੁੰਦੇ ਹਨ। ਸਰਪੰਚ ਪਿੰਡ ਦਾ ਮੁਖੀ ਹੁੰਦਾ ਹੈ ਅਤੇ ਇੱਕ ਚੰਗਾ ਸਰਪੰਚ ਪਿੰਡ ਦਾ ਨਕਸ਼ਾ ਬਦਲ ਸਕਦਾ ਹੈ ਅਤੇ ਆਪਣੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾ ਸਕਦਾ ਹੈ। ਇਹ ‘ਸਰਪੰਚ ਮਿਲਣੀ’ ਪਿੰਡ ਪੱਧਰ ‘ਤੇ ਸਮੱਸਿਆਵਾਂ ਨੂੰ ਸਮਝਣ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ਇੱਕ ਵਿਲੱਖਣ ਪਹਿਲਕਦਮੀ ਹੈ। ਗ੍ਰਾਂਟਾਂ ਦੀ ਕੋਈ ਕਮੀ ਨਹੀਂ ਹੈ, ਪਰ ਪਿੰਡਾਂ ਵਿੱਚ ਇਨ੍ਹਾਂ ਦੀ ਸਹੀ ਮਾਇਨੇ ਵਿੱਚ ਵਰਤੋਂ ਹੋਣੀ ਯਕੀਨੀ ਬਣਾਈ ਜਾਵੇ।”
ਉਨ੍ਹਾਂ ਦੁਹਰਾਇਆ, “ਦੋਸ਼ ਕਿਸੇ ‘ਤੇ ਵੀ ਲਾਏ ਜਾ ਸਕਦੇ ਹਨ, ਪਰ ਸਹੀ ਸਰਪੰਚ ਪਿੰਡ ਦੇ ਵਿਕਾਸ ਦਾ ਧੁਰਾ ਹੁੰਦੇ ਹਨ। ਪਹਿਲਾਂ, ਪਿਛਲੀਆਂ ਸਰਕਾਰਾਂ ਦਾ ਗ੍ਰਾਂਟਾਂ ਵਿੱਚ ਆਪਣਾ ਹਿੱਸਾ ਹੁੰਦਾ ਸੀ, ਜਿਸ ਕਾਰਨ ਵਿਕਾਸ ਪ੍ਰਭਾਵਿਤ ਹੁੰਦਾ ਸੀ। ਅੱਜ ਪਿੰਡਾਂ ਵਿੱਚ ਵੱਡੀਆਂ ਗ੍ਰਾਂਟਾਂ ਆ ਰਹੀਆਂ ਹਨ ਅਤੇ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਦੇ ਪਿੰਡਾਂ ਦੀ ਇਸ ਪੈਸੇ ਨਾਲ ਪੂਰੀ ਤਰ੍ਹਾਂ ਨੁਹਾਰ ਬਦਲ ਜਾਵੇਗੀ। ਵਿਕਾਸ ਕਾਰਜਾਂ ਨੂੰ ਤਰਜੀਹ ਦਿਓ ਅਤੇ ਇਹ ਯਕੀਨੀ ਬਣਾਓ ਕਿ ਇਹ ਫੰਡ ਇਸ ਤਰੀਕੇ ਨਾਲ ਖਰਚ ਕੀਤੇ ਜਾਣ ਕਿ ਸਮਾਜ ਦੇ ਹਰ ਵਰਗ ਨੂੰ ਇਸ ਦਾ ਲਾਭ ਮਿਲੇ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਸਭ ਤੋਂ ਪਹਿਲਾਂ ਲਾਇਬ੍ਰੇਰੀਆਂ, ਸਕੂਲਾਂ, ਸੋਲਰ ਲਾਈਟਾਂ ਅਤੇ ਫਿਰ ਗਲੀਆਂ-ਨਾਲੀਆਂ ਦੇ ਨਿਰਮਾਣ ਨੂੰ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ ਤਾਂ ਜੋ ਪਿੰਡਾਂ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਇਆ ਜਾ ਸਕੇ। ਸੂਬੇ ਦੇ ਵਿਕਾਸ ਨੂੰ ਤੇਜ਼ ਕਰਨ ਲਈ ਇਹ ਬੇਹੱਦ ਜ਼ਰੂਰੀ ਹੈ ਅਤੇ ਪੰਜਾਬ ਨੂੰ ਦੇਸ਼ ਵਿੱਚ ਮੋਹਰੀ ਬਣਾਉਣ ਲਈ ਸਮੇਂ ਦੀ ਲੋੜ ਹੈ। ਮੈਂ ਹਰ ਸਰਪੰਚ ਨੂੰ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਆਪਣੇ ਲੋਕਾਂ ਦੀ ਖੁਸ਼ਹਾਲੀ ਲਈ ਸਰਕਾਰ ਵੱਲੋਂ ਪੂਰਨ ਸਹਿਯੋਗ ਅਤੇ ਮਦਦ ਦਾ ਭਰੋਸਾ ਦਿੰਦਾ ਹਾਂ।”

SIR ਦੌਰਾਨ ਭਾਜਪਾ ‘ਆਪ’ ਸਮਰਥਕਾਂ ਦੀਆਂ ਵੋਟਾਂ ਕੱਟਣ ਦੀ ਕੋਸ਼ਿਸ਼ ਕਰ ਸਕਦੀ ਹੈ, ਹਰ ਵਲੰਟੀਅਰ ਸੁਚੇਤ ਰਹੇ: ਮੁੱਖ ਮੰਤਰੀ ਭਗਵੰਤ ਮਾਨ

ਸੰਗਰੂਰ 26 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ (‘ਆਪ’) ਦੇ ਵਲੰਟੀਅਰਾਂ ਨੂੰ ਵੋਟਰ ਸੂਚੀਆਂ ਦੀ ਵਿਸ਼ੇਸ਼ ਇੰਟੈਂਸਿਵ ਰਿਵੀਜ਼ਨ (ਐੱਸਆਈਆਰ) ਦੌਰਾਨ ਚੌਕਸ ਰਹਿਣ ਦਾ ਸੱਦਾ ਦਿੱਤਾ ਅਤੇ ਕਿਹਾ ਕਿ ਭਾਜਪਾ ਆਗਾਮੀ ਚੋਣਾਂ ਦੇ ਨਤੀਜਿਆਂ ਨੂੰ ਪ੍ਰਭਾਵਿਤ ਕਰਨ ਲਈ ‘ਆਪ’ ਸਮਰਥਕਾਂ ਦੀਆਂ ਵੋਟਾਂ ਕੱਟਣ ਦੀ ਕੋਸ਼ਿਸ਼ ਕਰ ਸਕਦੀ ਹੈ। ਮੁੱਖ ਮੰਤਰੀ ਨੇ ‘ਆਪ’ ਸਰਕਾਰ ਦੀਆਂ ਲੋਕ-ਪੱਖੀ ਪਹਿਲਕਦਮੀਆਂ ‘ਤੇ ਵੀ ਚਾਨਣਾ ਪਾਇਆ ਅਤੇ ਦਾਅਵਾ ਕੀਤਾ ਕਿ ਇਨ੍ਹਾਂ ਕਦਮਾਂ ਨਾਲ ਸੂਬੇ ਭਰ ਦੇ ਲੋਕਾਂ ਦੇ ਜੀਵਨ ਵਿੱਚ ਵੱਡਾ ਸੁਧਾਰ ਹੋਇਆ ਹੈ। ਉਨ੍ਹਾਂ ਨੇ ਪਾਰਟੀ ਕਾਰਕਰਤਾਵਾਂ ਨੂੰ ਹੇਠਲੇ ਪੱਧਰ ‘ਤੇ ਸੰਗਠਨ ਨੂੰ ਮਜ਼ਬੂਤ ​​ਕਰਨ ਦੀ ਅਪੀਲ ਕੀਤੀ ਅਤੇ ਭਰੋਸਾ ਪ੍ਰਗਟਾਇਆ ਕਿ ‘ਆਪ’ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਭਾਰੀ ਬਹੁਮਤ ਨਾਲ ਦੁਬਾਰਾ ਸੱਤਾ ਵਿੱਚ ਆਵੇਗੀ।

ਇਸ ਮੀਟਿੰਗ ਦੇ ਕੁਝ ਅੰਸ਼ ਸਾਂਝੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ ‘ਤੇ ਲਿਖਿਆ “ਅੱਜ ਸੰਗਰੂਰ ਵਿਖੇ ਸਾਡੀ ਪਾਰਟੀ ਦੀ ਰੀੜ੍ਹ ਦੀ ਹੱਡੀ, ਸਾਡੇ ਸਮਰਪਿਤ ਵਲੰਟੀਅਰਾਂ ਨਾਲ ਮੁਲਾਕਾਤ ਕੀਤੀ। ਅਸੀਂ ਉਨ੍ਹਾਂ ਦੇ ਹਲਕਿਆਂ ਵਿੱਚ ਕੀਤੇ ਜਾ ਰਹੇ ਕੰਮਾਂ ਬਾਰੇ ਖੁੱਲ੍ਹ ਕੇ ਅਤੇ ਵਿਸਥਾਰਪੂਰਵਕ ਚਰਚਾ ਕੀਤੀ। ਮੈਂ ਹਰ ਵਲੰਟੀਅਰ ਨੂੰ ਹੋਰ ਵੀ ਵੱਧ ਦ੍ਰਿੜਤਾ ਨਾਲ ਕੰਮ ਕਰਨ ਅਤੇ ਪੂਰੇ ਦਿਲ ਨਾਲ ਲੋਕਾਂ ਦੀ ਸੇਵਾ ਜਾਰੀ ਰੱਖਣ ਦੀ ਅਪੀਲ ਕੀਤੀ। ਸਾਡੇ ਵਲੰਟੀਅਰਾਂ ਦਾ ਉਤਸ਼ਾਹ ਅਤੇ ਵਚਨਬੱਧਤਾ ਹੀ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਹੈ। ਜਿਹੜੇ ਸਾਥੀਆਂ ਨੇ ਜ਼ਮੀਨੀ ਪੱਧਰ ‘ਤੇ ਦਿਨ-ਰਾਤ ਅਣਥੱਕ ਮਿਹਨਤ ਕੀਤੀ ਹੈ, ਉਨ੍ਹਾਂ ਨੂੰ ਸੰਗਠਨ ਵਿੱਚ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਆਉਣ ਵਾਲੇ ਦਿਨਾਂ ਵਿੱਚ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਜਾਣਗੀਆਂ। ਤੁਹਾਡੇ ਪਿਆਰ, ਸਹਿਯੋਗ ਅਤੇ ਅਟੁੱਟ ਵਚਨਬੱਧਤਾ ਲਈ ਸਾਰਿਆਂ ਦਾ ਤਹਿ ਦਿਲੋਂ ਧੰਨਵਾਦ। ਇਨਕਲਾਬ ਜ਼ਿੰਦਾਬਾਦ।”

ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ 25 ਜੂਨ ਤੋਂ ਵੋਟਰ ਸੂਚੀਆਂ ਦੀ ਐੱਸਆਈਆਰ ਸ਼ੁਰੂ ਹੋ ਚੁੱਕੀ ਹੈ, ਜਿਸ ਨਾਲ ਪਾਰਟੀ ਦੇ ਹਰ ਵਲੰਟੀਅਰ ਦੀ ਜ਼ਿੰਮੇਵਾਰੀ ਹੋਰ ਵੀ ਅਹਿਮ ਹੋ ਗਈ ਹੈ। ਉਨ੍ਹਾਂ ਕਿਹਾ ਕਿ ਐੱਸਆਈਆਰ ਪ੍ਰਕਿਰਿਆ ਰਾਹੀਂ ਭਾਜਪਾ ਸੂਬੇ ਵਿੱਚ ਆਉਣ ਵਾਲੀਆਂ ਚੋਣਾਂ ਵਿੱਚ ਸੱਤਾ ਹਥਿਆਉਣ ਲਈ ‘ਆਪ’ ਸਮਰਥਕਾਂ ਦੀਆਂ ਵੋਟਾਂ ਕੱਟਣ ਦੀ ਕੋਸ਼ਿਸ਼ ਕਰ ਸਕਦੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਚੋਣਾਂ ਜਿੱਤਣ ਲਈ ਇਹ ਭਾਜਪਾ ਦੀ ਕਾਰਜ ਪ੍ਰਣਾਲੀ ਬਣ ਚੁੱਕੀ ਹੈ। ਹਰ ਵਲੰਟੀਅਰ ਨੂੰ ਸੁਚੇਤ ਰਹਿਣਾ ਚਾਹੀਦਾ ਹੈ ਅਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਇੱਕ ਵੀ ਅਸਲੀ ਵੋਟ ਨਾ ਕੱਟੀ ਜਾਵੇ।”

ਮੁੱਖ ਮੰਤਰੀ ਨੇ ਕਿਹਾ ਕਿ ‘ਆਪ’ ਸਰਕਾਰ ਲੋਕਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸੱਤਾ ਸੰਭਾਲਣ ਤੋਂ ਬਾਅਦ ਕਈ ਲੋਕ-ਪੱਖੀ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਖੇਡਾਂ ਵਿੱਚ ਨੌਜਵਾਨਾਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਅਤੇ ਨਸ਼ਿਆਂ ਦੀ ਅਲਾਮਤ ਨੂੰ ਖ਼ਤਮ ਕਰਨ ਲਈ ਸੂਬੇ ਭਰ ਵਿੱਚ ਕਰੀਬ 3,100 ਖੇਡ ਮੈਦਾਨ 15 ਜੁਲਾਈ ਤੱਕ ਮੁਕੰਮਲ ਕਰਕੇ ਚਾਲੂ ਕਰ ਦਿੱਤੇ ਜਾਣਗੇ। ਉਨ੍ਹਾਂ ਅੱਗੇ ਕਿਹਾ, “ਸਾਡੀ ਲੜਾਈ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਦੇ ਸਾਂਝੇ ਗਠਜੋੜ ਵਿਰੁੱਧ ਹੈ, ਜਿਨ੍ਹਾਂ ਦਾ ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਤੋਂ ਇਲਾਵਾ ਕੋਈ ਹੋਰ ਏਜੰਡਾ ਨਹੀਂ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਾਰਟੀ ਵਲੰਟੀਅਰਾਂ ਨੂੰ ਇੱਕਜੁੱਟ ਰਹਿਣ ਅਤੇ ਰਾਜ ਸਰਕਾਰ ਦੀਆਂ ਨੀਤੀਆਂ ਤੇ ਪ੍ਰਾਪਤੀਆਂ ਨੂੰ ਘਰ-ਘਰ ਪਹੁੰਚਾਉਂਦੇ ਹੋਏ ਦ੍ਰਿੜਤਾ ਨਾਲ ਵਿਰੋਧੀਆਂ ਦਾ ਸਾਹਮਣਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਕੋਲ ਸਿਰਫ਼ ਇੱਕ ਹੀ ਏਜੰਡਾ ਹੈ, ਉਹ ਹੈ ਉਨ੍ਹਾਂ ਨੂੰ ਬਦਨਾਮ ਕਰਨਾ, ਅਤੇ ਉਹ ਫਰਜ਼ੀ ਵੀਡੀਓਜ਼ ਵਾਇਰਲ ਕਰਕੇ ਸਭ ਤੋਂ ਹੇਠਲੇ ਪੱਧਰ ‘ਤੇ ਉਤਰ ਰਹੇ ਹਨ। ਉਨ੍ਹਾਂ ਕਿਹਾ, “ਸਾਡੀ ਸਰਕਾਰ ਦੀਆਂ ਨੀਤੀਆਂ ਨੇ ਲੋਕਾਂ ਦੇ ਘਰੇਲੂ ਅਤੇ ਖੇਤੀਬਾੜੀ ਦੋਵਾਂ ਖਰਚਿਆਂ ਨੂੰ ਕਾਫ਼ੀ ਹੱਦ ਤੱਕ ਘਟਾ ਦਿੱਤਾ ਹੈ, ਅਤੇ ਇਹੀ ਕਾਰਨ ਹੈ ਕਿ ਵਿਰੋਧੀ ਧਿਰ ਬੌਖਲਾਈ ਹੋਈ ਹੈ।”

‘ਆਪ’ ਸਰਕਾਰ ਦੀਆਂ ਪ੍ਰਮੁੱਖ ਪ੍ਰਾਪਤੀਆਂ ‘ਤੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਨੂੰ ਸਰਵਉੱਚ ਤਰਜੀਹ ਦਿੰਦਿਆਂ ਸਰਕਾਰ ਨੇ 19 ਟੋਲ ਪਲਾਜ਼ੇ ਬੰਦ ਕਰ ਦਿੱਤੇ ਹਨ, ਜਿਸ ਨਾਲ ਲੋਕਾਂ ਦੇ ਰੋਜ਼ਾਨਾ ਕਰੀਬ 70 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਨੇ ਪੂਰੀ ਤਰ੍ਹਾਂ ਪਾਰਦਰਸ਼ੀ ਭਰਤੀ ਪ੍ਰਕਿਰਿਆ ਰਾਹੀਂ ਨੌਜਵਾਨਾਂ ਨੂੰ 68,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਦੱਸਿਆ ਕਿ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ, ਕਿਸਾਨਾਂ ਨੂੰ ਦਿਨ ਵੇਲੇ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ, ਸੂਬੇ ਭਰ ਵਿੱਚ ਕਰੀਬ 44,000 ਕਿਲੋਮੀਟਰ ਸੜਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਅਤੇ ਹੋਰ ਵੀ ਕਈ ਵਿਕਾਸ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਨਹਿਰੀ ਸਿੰਚਾਈ ਨੈੱਟਵਰਕ ਨੂੰ ਕਾਫ਼ੀ ਮਜ਼ਬੂਤ ​​ਕੀਤਾ ਗਿਆ ਹੈ ਅਤੇ ਖੇਤੀਬਾੜੀ ਸੈਕਟਰ ਲਈ ਨਹਿਰੀ ਪਾਣੀ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਨੇ ਪੂਰੇ ਪੰਜਾਬ ਵਿੱਚ ਉੱਪਰੋਂ ਲੰਘਣ ਵਾਲੀਆਂ ਬਿਜਲੀ ਦੀਆਂ ਤਾਰਾਂ ਨੂੰ ਪੜਾਅਵਾਰ ਤਰੀਕੇ ਨਾਲ ਅੰਡਰਗਰਾਊਂਡ ਬਿਜਲੀ ਸਿਸਟਮ ਵਿੱਚ ਬਦਲਣ ਲਈ ਇੱਕ ਅਹਿਮ ਪ੍ਰੋਗਰਾਮ ਸ਼ੁਰੂ ਕੀਤਾ ਹੈ।

ਲੋਕਾਂ ਦੇ ਸਹਿਯੋਗ ‘ਤੇ ਭਰੋਸਾ ਪ੍ਰਗਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਦਾ ਪਿਆਰ ਅਤੇ ਸਤਿਕਾਰ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਨੂੰ ਯਕੀਨੀ ਬਣਾਏਗਾ। ਉਨ੍ਹਾਂ ਨੇ ਪਾਰਟੀ ਕਾਰਕਰਤਾਵਾਂ ਨੂੰ ਕਮਰ ਕੱਸਣ ਅਤੇ ਪਾਰਟੀ ਨੂੰ ਹੋਰ ਵੀ ਵੱਡੇ ਬਹੁਮਤ ਨਾਲ ਦੁਬਾਰਾ ਸੱਤਾ ਵਿੱਚ ਲਿਆਉਣ ਲਈ ਅਣਥੱਕ ਮਿਹਨਤ ਕਰਨ ਦਾ ਸੱਦਾ ਦਿੰਦਿਆਂ ਕਿਹਾ, “ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ‘ਆਪ’ 100 ਤੋਂ ਵੱਧ ਸੀਟਾਂ ਜਿੱਤੇਗੀ।”

ਪੰਜਾਬ

ਦੇਸ਼