Breaking News
ਪੰਜਾਬ ਸਰਕਾਰ ਨੇ 6110 ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਅਸਾਮੀਆਂ ਲਈ ਮੰਗੀਆਂ ਅਰਜ਼ੀਆਂ

ਚੰਡੀਗੜ੍ਹ, 25 ਫਰਵਰੀ:

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ 0 ਤੋਂ 6 ਸਾਲ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਅਤੇ ਮੁੱਢਲੀ ਸਿੱਖਿਆ ਨੂੰ ਮਜ਼ਬੂਤ ਕਰਨ ਲਈ ਢੁਕਵੇਂ ਅਤੇ ਦੂਰਗਾਮੀ ਕਦਮ ਚੁੱਕ ਰਹੀ ਹੈ। ਇਸੇ ਉਦੇਸ਼ ਦੀ ਪੂਰਤੀ ਲਈ ਪੰਜਾਬ ਸਰਕਾਰ ਵੱਲੋਂ ਆਂਗਨਵਾੜੀ ਵਰਕਰਾਂ ਅਤੇ ਆਂਗਨਵਾੜੀ ਹੈਲਪਰਾਂ ਦੀਆਂ ਕੁੱਲ 6110 ਅਸਾਮੀਆਂ ਭਰਨ ਲਈ ਆਨਲਾਈਨ ਅਰਜ਼ੀਆਂ ਮੰਗੀਆਂ ਗਈਆਂ ਹਨ।

ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਨੇ ਦੱਸਿਆ ਕਿ ਕੁੱਲ 6110 ਅਸਾਮੀਆਂ ਵਿੱਚੋਂ 1316 ਅਸਾਮੀਆਂ ਆਂਗਨਵਾੜੀ ਵਰਕਰਾਂ ਅਤੇ 4794 ਅਸਾਮੀਆਂ ਆਂਗਨਵਾੜੀ ਹੈਲਪਰਾਂ ਦੀਆਂ ਹਨ। ਉਨ੍ਹਾਂ ਕਿਹਾ ਕਿ ਯੋਗ ਉਮੀਦਵਾਰ 11 ਮਾਰਚ 2026 ਰਾਤ 11.59 ਵਜੇ ਤੱਕ ਆਪਣੀਆਂ ਅਰਜ਼ੀਆਂ ਆਨਲਾਈਨ ਜਮ੍ਹਾਂ ਕਰਵਾ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਪਹਿਲਾਂ ਇਨ੍ਹਾਂ ਅਸਾਮੀਆਂ ਲਈ ਅਰਜ਼ੀਆਂ ਦੇਣ ਦੀ ਆਖਰੀ ਮਿਤੀ 10 ਦਸੰਬਰ 2025 ਨਿਰਧਾਰਤ ਕੀਤੀ ਗਈ ਸੀ, ਜਿਸ ਵਿੱਚ ਹੁਣ ਵਾਧਾ ਕੀਤਾ ਗਿਆ ਹੈ। ਇਸ ਅਨੁਸਾਰ ਹੁਣ ਪੰਜਾਬ ਰਾਜ ਦੀਆਂ ਯੋਗ (ਕੇਵਲ ਇਸਤਰੀਆਂ) ਉਮੀਦਵਾਰਾਂ 25 ਫਰਵਰੀ ਤੋਂ 11 ਮਾਰਚ 2026 ਰਾਤ 11.59 ਵਜੇ ਤੱਕ ਆਨਲਾਈਨ ਅਪਲਾਈ ਕਰ ਸਕਦੀਆਂ ਹਨ। ਉਨ੍ਹਾਂ ਸਪਸ਼ਟ ਕੀਤਾ ਕਿ ਅਰਜ਼ੀਆਂ sswcd.punjab.gov.in ਲਿੰਕ ਰਾਹੀਂ, ਨਿਰਧਾਰਿਤ ਫਾਰਮੈਟ ਅਤੇ ਲੋੜੀਂਦੇ ਦਸਤਾਵੇਜ਼ਾਂ ਸਮੇਤ ਕੇਵਲ ਆਨਲਾਈਨ ਮੋਡ ਰਾਹੀਂ ਹੀ ਸਵੀਕਾਰ ਕੀਤੀਆਂ ਜਾਣਗੀਆਂ। ਹੋਰ ਕਿਸੇ ਵੀ ਮੋਡ ਰਾਹੀਂ ਅਰਜ਼ੀਆਂ ਮਨਜ਼ੂਰ ਨਹੀਂ ਕੀਤੀਆਂ ਜਾਣਗੀਆਂ।

ਕੈਬਨਿਟ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਉਮੀਦਵਾਰਾਂ ਵੱਲੋਂ ਇਨ੍ਹਾਂ ਅਸਾਮੀਆਂ ਲਈ ਪਹਿਲਾਂ ਹੀ ਅਪਲਾਈ ਕੀਤਾ ਗਿਆ ਹੈ, ਉਨ੍ਹਾਂ ਨੂੰ ਮੁੜ ਤੋਂ ਅਰਜ਼ੀ ਦੇਣ ਦੀ ਲੋੜ ਨਹੀਂ। ਹਾਲਾਂਕਿ ਜਿਨ੍ਹਾਂ ਉਮੀਦਵਾਰਾਂ ਦੀਆਂ ਅਰਜ਼ੀਆਂ ਪਹਿਲਾਂ ਦਸਤਾਵੇਜ਼ਾਂ ਦੀ ਘਾਟ ਕਾਰਨ ਰੱਦ ਹੋਈਆਂ ਸਨ, ਉਹ ਉਮੀਦਵਾਰ ਮੁੜ ਤੋਂ ਅਪਲਾਈ ਕਰ ਸਕਦੇ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ 0 ਤੋਂ 6 ਸਾਲ ਦੀ ਉਮਰ ਬੱਚੇ ਦੀ ਜ਼ਿੰਦਗੀ ਦਾ ਸਭ ਤੋਂ ਨਾਜ਼ੁਕ ਅਤੇ ਮਹੱਤਵਪੂਰਨ ਦੌਰ ਹੁੰਦਾ ਹੈ, ਜਿਸ ਦੌਰਾਨ ਮਿਲਣ ਵਾਲੀ ਸਿੱਖਿਆ, ਦੇਖਭਾਲ ਅਤੇ ਪੋਸ਼ਣ ਬੱਚੇ ਦੇ ਪੂਰੇ ਜੀਵਨ ਦੀ ਮਜ਼ਬੂਤ ਨੀਂਹ ਬਣਦੇ ਹਨ। ਉਨ੍ਹਾਂ ਕਿਹਾ ਕਿ ਹਰ ਬੱਚਾ, ਚਾਹੇ ਉਹ ਸ਼ਹਿਰ ਵਿੱਚ ਰਹਿੰਦਾ ਹੋਵੇ ਜਾਂ ਪਿੰਡ ਵਿੱਚ, ਇੱਕ ਸੁਰੱਖਿਅਤ ਅਤੇ ਉਤਸ਼ਾਹ ਭਰਪੂਰ ਮਾਹੌਲ ਦਾ ਹੱਕਦਾਰ ਹੈ ਅਤੇ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਕੋਈ ਵੀ ਬੱਚਾ ਸਿਰਫ਼ ਸਾਧਨਾਂ ਦੀ ਘਾਟ ਕਾਰਨ ਆਪਣੇ ਸੁਪਨਿਆਂ ਤੋਂ ਵੰਚਿਤ ਨਾ ਰਹੇ।

ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹਰ ਆਂਗਨਵਾੜੀ ਸੈਂਟਰ ਵਿੱਚ ਯੋਗ ਅਤੇ ਕਾਬਿਲ ਸਟਾਫ ਦੀ ਉਪਲਬਧਤਾ ਯਕੀਨੀ ਬਣਾਉਣਾ ਹੈ, ਤਾਂ ਜੋ ਬੱਚਿਆਂ ਨੂੰ ਉੱਚ ਮਿਆਰੀ ਸਿੱਖਿਆ, ਸੰਤੁਲਿਤ ਪੋਸ਼ਣ ਅਤੇ ਸੰਵੇਦਨਸ਼ੀਲ ਦੇਖਭਾਲ ਦੀਆਂ ਸੇਵਾਵਾਂ ਸੁਚਾਰੂ ਢੰਗ ਨਾਲ ਮੁਹੱਈਆ ਕਰਵਾਈਆਂ ਜਾ ਸਕਣ। ਇਸ ਭਰਤੀ ਪ੍ਰਕਿਰਿਆ ਨਾਲ ਇੱਕ ਪਾਸੇ ਰੋਜ਼ਗਾਰ ਦੇ ਨਵੇਂ ਮੌਕੇ ਉਪਲਬਧ ਹੋਣਗੇ, ਦੂਜੇ ਪਾਸੇ ਬੱਚਿਆਂ ਦੇ ਸਰਵਪੱਖੀ ਵਿਕਾਸ ਦੇ ਟੀਚੇ ਨੂੰ ਹੋਰ ਮਜ਼ਬੂਤੀ ਮਿਲੇਗੀ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਹਰ ਜ਼ਿਲ੍ਹੇ ਦੇ ਸ਼ਹਿਰਾਂ, ਬਲਾਕਾਂ ਅਤੇ ਪਿੰਡ ਪੱਧਰ ‘ਤੇ ਚੱਲ ਰਹੇ ਆਂਗਨਵਾੜੀ ਸੈਂਟਰਾਂ ਰਾਹੀਂ ਬੱਚਿਆਂ ਨੂੰ ਪ੍ਰਾਈਵੇਟ ਪਲੇਅ-ਵੇਅ ਸਕੂਲਾਂ ਦੇ ਸਮਾਨ ਗੁਣਵੱਤਾ ਵਾਲੀ ਸਿੱਖਿਆ, ਉਚਿਤ ਫਰਨੀਚਰ ਅਤੇ ਆਧੁਨਿਕ ਕਰੀਕੁਲਮ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।

ਮੰਤਰੀ ਸਮੂਹ ਨੇ ਆਉਣ ਵਾਲੇ ਕਣਕ ਖ਼ਰੀਦ ਸੀਜ਼ਨ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ



ਚੰਡੀਗੜ੍ਹ, 25 ਫਰਵਰੀ :

ਫ਼ਸਲੀ ਖ਼ਰੀਦ ਸਬੰਧੀ ਤਿਆਰੀਆਂ ਦੀ ਨਿਗਰਾਨੀ ਲਈ ਗਠਿਤ ਮੰਤਰੀ ਸਮੂਹ(ਜੀਓਐਮ) ਜਿਸ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ, ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਆਵਾਜਾਈ ਮੰਤਰੀ ਲਾਲਜੀਤ ਸਿੰਘ ਭੁੱਲਰ ਸ਼ਾਮਿਲ ਹਨ, ਨੇ ਅੱਜ ਆਉਣ ਵਾਲੇ ਕਣਕ ਖਰੀਦ ਸੀਜ਼ਨ 2026-27 ਦੀ ਵਿਆਪਕ ਸਮੀਖਿਆ ਕਰਨ ਲਈ ਮੀਟਿੰਗ ਕੀਤੀ।

ਮੰਤਰੀ ਸਮੂਹ ਨੂੰ ਇਸ ਮੌਕੇ ਦੱਸਿਆ ਗਿਆ ਕਿ ਕਣਕ ਖ਼ਰੀਦ ਸੀਜ਼ਨ 1 ਅਪ੍ਰੈਲ ਤੋਂ ਸ਼ੁਰੂ ਹੋਣ ਦੀ ਸੰਭਾਵਨਾ ਹੈ ਅਤੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵੱਲੋਂ ਵਿਭਾਗ ਲਗਭਗ 132 ਲੱਖ ਮੀਟ੍ਰਿਕ ਟਨ (ਐਲ.ਐਮ.ਟੀ.) ਉਪਜ ਦੀ ਖ਼ਰੀਦ ਕੀਤੀ ਜਾਵੇਗੀ। ਇਸ ਤੋਂ ਇਲਾਵਾ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) 2585 ਰੁਪਏ ਪ੍ਰਤੀ ਕੁਇੰਟਲ ਨਿਰਧਾਰਿਤ ਕੀਤਾ ਗਿਆ ਹੈ।

ਭੰਡਾਰਨ ਦੀ ਜਗ੍ਹਾ ਦੇ ਮੁੱਦੇ ਸਬੰਧੀ ਮੰਤਰੀ ਸਮੂਹ ਦੇ ਧਿਆਨ ਵਿੱਚ ਇਹ ਲਿਆਂਦਾ ਗਿਆ ਕਿ ਭਾਰਤੀ ਖੁਰਾਕ ਨਿਗਮ ਵੱਲੋਂ ਅਗਸਤ 2025 ਤੋਂ ਹੁਣ ਤੱਕ ਹਰ ਮਹੀਨੇ 5 ਐਲ.ਐਮ.ਟੀ. ਕਣਕ ਅਤੇ 5 ਐਲਐਮਟੀ ਚੌਲ ਦੀ ਢੋਆ-ਢੁਆਈ ਕੀਤੀ ਜਾ ਰਹੀ ਹੈ, ਜਦੋਂ ਕਿ 2026-27 ਦੇ ਸੀਜ਼ਨ ਵਿੱਚ ਖਰੀਦੀ ਜਾਣ ਵਾਲੀ ਕਣਕ ਲਈ ਢੁਕਵੀਂ ਸਟੋਰੇਜ ਸਪੇਸ ਨੂੰ ਯਕੀਨੀ ਬਣਾਉਣ ਲਈ ਹਰ ਮਹੀਨੇ ਘੱਟੋ-ਘੱਟ 15 ਐਲਐਮਟੀ ਕਣਕ ਦੀ ਚੁਕਾਈ  ਦੀ ਲੋੜ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਸਬੰਧ ਵਿੱਚ ਸਮੇਂ ਸਮੇਂ ਉੱਤੇ ਅਤੇ ਹਾਲ ਹੀ ਵਿੱਚ ਵੀ ਜ਼ੋਰਦਾਰ ਢੰਗ ਨਾਲ ਕੇਂਦਰ ਸਰਕਾਰ ਕੋਲ ਮੁੱਦਾ ਉਠਾਇਆ ਗਿਆ ਹੈ।

ਇਸ ਤੋਂ ਇਲਾਵਾ ਆਉਣ ਵਾਲੇ ਸੀਜ਼ਨ ਦੇ ਸਬੰਧੀ ਕਣਕ ਦੀ ਸੁਰੱਖਿਅਤ ਸਟੋਰੇਜ ਨੂੰ ਯਕੀਨੀ ਬਣਾਉਣ ਲਈ ਵਿਭਾਗ ਪਲਿੰਥ ਬਣਾਉਣ ਅਤੇ ਚੌਲ ਮਿੱਲਾਂ ਵਿੱਚ ਖਾਲੀ ਥਾਵਾਂ ਦੀ ਵਰਤੋਂ ਕਰਨ ’ਤੇ ਵਿਚਾਰ ਕਰ ਰਿਹਾ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨਾਂ ਨਾਲ ਖਰੀਦ ਪ੍ਰਬੰਧਾਂ ਦੀ ਨਿਯਮਿਤ ਸਮੀਖਿਆ ਕੀਤੀ ਜਾ ਰਹੀ ਹੈ। ਡੀਐਫਐਸਸੀਜ਼ ਵੱਲੋਂ ਸੰਕਟਕਾਲੀ ਯੋਜਨਾਵਾਂ ਅਤੇ ਬਦਲਵੇਂ ਪ੍ਰਬੰਧ ਤਿਆਰ ਕਰਨ ਲਈ ਐਫ.ਸੀ.ਆਈ. ਦੇ ਜ਼ਿਲ੍ਹਾ ਮੈਨੇਜਰਾਂ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ।

ਸੀਜ਼ਨ ਦੌਰਾਨ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਲੋੜੀਂਦੀਆਂ ਹੋਰ ਵਸਤਾਂ  ਸਬੰਧੀ 391320 ਪਲਾਸਟਿਕ ਦੇ ਕਰੇਟਾਂ ਲਈ ਆਰਡਰ ਜਾਰੀ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 231055 ਪ੍ਰਾਪਤ ਹੋ ਚੁੱਕੇ ਹਨ ਜਦੋਂ ਕਿ ਬਾਕੀ ਮਾਰਚ ਤੱਕ ਪ੍ਰਾਪਤ ਹੋ ਜਾਣਗੇ। ਇਸ ਤੋਂ ਇਲਾਵਾ, 675000 ਲੱਕੜ ਦੇ ਕਰੇਟਾਂ ਦੀ ਸਪਲਾਈ ਲਈ ਆਰਡਰ ਦਿੱਤੇ ਗਏ ਹਨ ਅਤੇ ਕਣਕ ਨੂੰ ਸੁਰੱਖਿਅਤ ਢੰਗ ਨਾਲ ਸਟੋਰ ਕਰਨ ਲਈ ਲੋੜੀਂਦੇ ਐਲਪੀਈਡੀ ਕਵਰ (ਤਰਪਾਲਾਂ) ਵੀ ਉਪਲਬਧ ਹਨ।

ਆੜ੍ਹਤੀਆਂ ਵੱਲੋਂ ਕਮਿਸ਼ਨ ਦੀਆਂ ਦਰਾਂ 45 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 64 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਮੰਗ ਸਬੰਧੀ ਮੰਤਰੀ ਸਮੂਹ ਦੇ ਇਹ  ਵੀ ਧਿਆਨ ਵਿੱਚ ਲਿਆਂਦਾ ਗਿਆ ਕਿ ਸੂਬਾ ਸਰਕਾਰ ਵੱਲੋਂ ਹਰ ਸੰਭਵ ਮੌਕੇ ’ਤੇ ਕੇਂਦਰ ਸਰਕਾਰ ਕੋਲ ਇਹ ਮਾਮਲਾ ਜ਼ੋਰ ਸ਼ੋਰ ਨਾਲ ਉਠਾਇਆ ਜਾ ਰਿਹਾ ਹੈ।

ਖਰੀਦ ਪ੍ਰਕਿਰਿਆ ਨਾਲ ਜੁੜੇ ਹਰੇਕ ਭਾਈਵਾਲੀ ਦੀ ਭਲਾਈ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੰਤਰੀ ਸਮੂਹ ਨੇ ਅਧਿਕਾਰੀਆਂ ਨੂੰ ਹਰ ਕਦਮ ’ਤੇ ਪਾਰਦਰਸ਼ਤਾ ਨਾਲ ਨਿਰਵਿਘਨ ਖ਼ਰੀਦ ਸੀਜ਼ਨ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਰਾਹੁਲ ਤਿਵਾੜੀ, ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ, ਵਧੀਕ ਡਾਇਰੈਕਟਰ ਡਾ. ਅੰਜੁਮਨ ਭਾਸਕਰ ਅਤੇ ਅਜੈਵੀਰ ਸਿੰਘ ਸਰਾਓ, ਅਤੇ ਜੀ.ਐਮ. ਵਿੱਤ ਸਰਵੇਸ਼ ਕੁਮਾਰ ਮੌਜੂਦ ਸਨ।

ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ : ਭਗਵੰਤ ਮਾਨ

ਜਲੰਧਰ, 25 ਫਰਵਰੀ :
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਨੂੰ ਹਰ ਰੋਜ਼ ਪਾਕਿਸਤਾਨ ਵੱਲੋਂ ਸਮਾਜ ਵਿਰੋਧੀ ਅਨਸਰਾਂ ਅਤੇ ਡਰੋਨਾਂ ਦੀ ਘੁਸਪੈਠ ਰਾਹੀਂ ਸੂਬੇ ਦਾ ਮਾਹੌਲ ਖਰਾਬ ਕਰਨ ਲਈ ਘੜੇ ਜਾ ਰਹੇ ਨਾਪਾਕ ਮਨਸੂਬਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਕੌਮਾਂਤਰੀ ਸਰਹੱਦ ਦੀ ਰਾਖੀ ਲਈ ਡਟ ਕੇ ਪਹਿਰਾ ਦੇ ਰਹੀ ਹੈ ਅਤੇ ਪੰਜਾਬ ਪੁਲਿਸ ਸਿਰਫ ਪੰਜਾਬ ਦੀ ਹੀ ਨਹੀਂ ਸਗੋਂ ਸਮੁੱਚੇ ਦੇਸ਼ ਦੀ ਪੁਲਿਸ ਹੈ ਜੋ ਆਪਣਾ ਫਰਜ਼ ਨਿਭਾਅ ਰਹੀ ਹੈ। ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਲੰਧਰ ਦੇ ਪੀ.ਏ.ਪੀ. ਗਰਾਊਂਡ ਵਿਖੇ ਪਾਸਿੰਗ ਆਊਟ ਪਰੇਡ ਦੌਰਾਨ 2,577 ਨਵੇਂ ਪੁਲਿਸ ਜਵਾਨਾਂ ਨੂੰ ਰਸਮੀ ਤੌਰ ‘ਤੇ ਪੰਜਾਬ ਪੁਲਿਸ ਵਿੱਚ ਸ਼ਾਮਲ ਕਰਵਾਇਆ। ਮੁੱਖ ਮੰਤਰੀ ਦੀ ਇਸ ਪਹਿਲਕਦਮੀ ਨੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਪੁਲਿਸ ਦੇ ਆਧੁਨਿਕੀਕਰਨ ਲਈ ਸੂਬਾ ਸਰਕਾਰ ਦੀ ਦੋਹਰੀ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ।
ਪੰਜਾਬ ਪੁਲਿਸ ਦੀ ਭਰਤੀ ਮੁਹਿੰਮ ਨੂੰ ‘ਆਪ’ ਸਰਕਾਰ ਦੀ ਰੋਜ਼ਗਾਰ ਕ੍ਰਾਂਤੀ ਦਾ ਅਹਿਮ ਹਿੱਸਾ ਐਲਾਨਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਮਾਰਚ, 2022 ਤੋਂ ਲੈ ਕੇ ਹੁਣ ਤੱਕ 12,010 ਤੋਂ ਵੱਧ ਪੁਲਿਸ ਜਵਾਨ ਨਿਯੁਕਤ ਕੀਤੇ ਗਏ ਹਨ, ਵਿਗਿਆਨਕ ਲੀਹਾਂ ‘ਤੇ ਫੋਰਸ ਨੂੰ ਅਪਗ੍ਰੇਡ ਕਰਨ ਲਈ 1100 ਕਰੋੜ ਰੁਪਏ ਰੱਖੇ ਗਏ ਹਨ ਅਤੇ ਸਾਈਬਰ ਅਪਰਾਧ, ਅੱਤਵਾਦ ਅਤੇ ਨਸ਼ਿਆਂ ਦਾ ਟਾਕਰਾ ਕਰਨ ਲਈ ਆਰਟੀਫਿਸ਼ੀਅਲ ਇੰਟੈਲੀਜੈਂਸ, ਵਿਸ਼ੇਸ਼ ਤਕਨੀਕੀ ਯੂਨਿਟ ਅਤੇ ਮਜ਼ਬੂਤ ਐਂਟੀ-ਨਾਰਕੋਟਿਕਸ ਟਾਸਕ ਫੋਰਸ ਸਮੇਤ ਅਤਿ-ਆਧੁਨਿਕ ਕਦਮ ਚੁੱਕੇ ਜਾ ਰਹੇ ਹਨ।
‘ਯੁੱਧ ਨਸ਼ੇ ਵਿਰੁੱਧ’ ਮੁਹਿੰਮ ਤਹਿਤ 50,238 ਗ੍ਰਿਫ਼ਤਾਰੀਆਂ ਅਤੇ ਸੜਕ ਸੁਰੱਖਿਆ ਫੋਰਸ ਵੱਲੋਂ ਬਚਾਈਆਂ ਗਈਆਂ 46,399 ਜ਼ਿੰਦਗੀਆਂ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਵਿੱਚ ਰਿਕਾਰਡ ਭਰਤੀ, ਤੇਜ਼ੀ ਨਾਲ ਤਕਨੀਕੀ ਅਪਗ੍ਰੇਡੇਸ਼ਨ ਅਤੇ ਅਪਰਾਧ ਵਿਰੁੱਧ ਬੇਮਿਸਾਲ ਕਾਰਵਾਈ ਹੋ ਰਹੀ ਹੈ, ਜੋ ਕਿ ਪੰਜਾਬ ਵਿੱਚ ਅਮਨ-ਸ਼ਾਂਤੀ ਅਤੇ ਸਥਿਰਤਾ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਦੀ ਸਰਕਾਰ ਦੇ ਦ੍ਰਿੜ੍ਹ ਸੰਕਲਪ ਦੀ ਗਵਾਹੀ ਭਰਦੀ ਹੈ।
‘ਐਕਸ’ ’ਤੇ ਸਮਾਰੋਹ ਦੀਆਂ ਕੁਝ ਝਲਕੀਆਂ ਸਾਂਝੀਆਂ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਜਲੰਧਰ ਵਿੱਚ ਪੰਜਾਬ ਪੁਲਿਸ ਦੀ ਵੱਕਾਰੀ ਪਾਸਿੰਗ-ਆਊਟ ਪਰੇਡ ਵਿੱਚ ਸ਼ਾਮਲ ਹੋਣਾ ਮਾਣ-ਸਨਮਾਨ ਦੀ ਗੱਲ ਸੀ। ਕੁੱਲ 2,577 ਨਵੇਂ, ਬਹੁਤ ਪ੍ਰੇਰਨਾਦਾਇਕ ਅਫਸਰ ਅਧਿਕਾਰਤ ਤੌਰ ‘ਤੇ ਪੰਜਾਬ ਪੁਲਿਸ ਦੇ ਪਰਿਵਾਰ ਵਿੱਚ ਸ਼ਾਮਲ ਹੋਏ ਹਨ, ਇਨ੍ਹਾਂ ਸਾਰਿਆਂ ਨੂੰ ਵਧਾਈਆਂ। ਸਾਡੀ ਸਰਕਾਰ ਦੀ ਅਗਵਾਈ ਹੇਠ 12,000 ਤੋਂ ਵੱਧ ਜਵਾਨਾਂ ਦੀ ਪੁਲਿਸ ਵਿੱਚ ਭਰਤੀ ਦਾ ਰਿਕਾਰਡ ਕਾਇਮ ਕੀਤਾ ਗਿਆ ਹੈ, ਉੱਚ-ਤਕਨੀਕੀ ਯੂਨਿਟਾਂ ਸਥਾਪਤ ਕੀਤੀਆਂ ਗਈਆਂ ਹਨ ਅਤੇ ਨਸ਼ਿਆਂ ਦੀ ਦੁਰਵਰਤੋਂ ਵਿਰੁੱਧ ਸਖ਼ਤ ਮੁਹਿੰਮ ਜਾਰੀ ਹੈ। ਅਸੀਂ ਪੰਜਾਬ ਦੀ ਸੁਰੱਖਿਆ ਅਤੇ ਸ਼ਾਂਤੀ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ। ਜੈ ਹਿੰਦ।”
ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਹੁਦਾ ਸੰਭਾਲਣ ਤੋਂ ਬਾਅਦ, ਮੈਂ ਪੰਜਾਬ ਪੁਲਿਸ ਨੂੰ ਵਿਗਿਆਨਕ ਲੀਹਾਂ ‘ਤੇ ਅਪਗ੍ਰੇਡ ਕਰਨ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਅਤੇ ਇਸ ਮਕਸਦ ਲਈ 1,100 ਕਰੋੜ ਰੁਪਏ ਰੱਖੇ ਗਏ ਹਨ।” ਉਨ੍ਹਾਂ ਅੱਗੇ ਕਿਹਾ, “ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੰਜਾਬ ਪੁਲਿਸ ਨੂੰ ਹਰੇਕ ਤਰ੍ਹਾਂ ਦੀ ਚੁਣੌਤੀ ਦਾ ਮੁਕਾਬਲਾ ਕਰਨ ਅਤੇ ਦੇਸ਼ ਦੀ ਏਕਤਾ, ਅਖੰਡਤਾ ਤੇ ਪ੍ਰਭੂਸੱਤਾ ਨੂੰ ਕਾਇਮ ਰੱਖਣ ਲਈ ਆਧੁਨਿਕ ਲੀਹਾਂ ‘ਤੇ ਲੈਸ ਕੀਤਾ ਗਿਆ ਹੈ।”
ਪੰਜਾਬ ਦੀਆਂ ਚੁਣੌਤੀਆਂ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਇਕ ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਪੁਲਿਸ ਆਪਣੀ ਡਿਊਟੀ ਨੂੰ ਮੁਸਤੈਦੀ ਨਾਲ ਨਾਲ ਨਿਭਾਅ ਰਹੀ ਹੈ।”
ਸਮਾਰੋਹ ਵਿੱਚ ਸ਼ਾਮਲ ਹੋਣ ‘ਤੇ ਆਪਣੀ ਖੁਸ਼ੀ ਜ਼ਾਹਰ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਪਾਸਿੰਗ ਆਊਟ ਪਰੇਡ ਲਈ ਪੰਜਾਬ ਆਰਮਡ ਪੁਲਿਸ ਕੈਂਪਸ ਵਿੱਚ ਆ ਕੇ ਬਹੁਤ ਖੁਸ਼ ਹਾਂ।” ਉਨ੍ਹਾਂ ਅੱਗੇ ਕਿਹਾ, “ਅੱਜ ਦੀ ਪਾਸਿੰਗ ਆਊਟ ਪਰੇਡ ਵਿੱਚ ਪੰਜਾਬ ਪੁਲਿਸ ਦੇ ਵੱਖ-ਵੱਖ ਕਾਡਰਾਂ ਦੇ ਕੁੱਲ 2,577 ਜਵਾਨ ਅਤੇ ਅਧਿਕਾਰੀ ਹਿੱਸਾ ਲੈ ਰਹੇ ਹਨ। ਇਹ ਪਰੇਡ ਉਨ੍ਹਾਂ ਦੀ ਮੁੱਢਲੀ ਸਿਖਲਾਈ ਦੇ ਮੁਕੰਮਲ ਹੋ ਜਾਣ ਨੂੰ ਦਰਸਾਉਂਦੀ ਹੈ ਅਤੇ ਇਨ੍ਹਾਂ ਸਾਰੇ ਪੁਲਿਸ ਕਰਮਚਾਰੀਆਂ ਨੂੰ ਡਿਊਟੀ ਲਈ ਵੱਖ-ਵੱਖ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤਾ ਜਾਵੇਗਾ।”
ਪੁਲਿਸ ਟ੍ਰੇਨਿੰਗ ਸੈਂਟਰਾਂ ਦੀ ਮਹੱਤਤਾ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਵੱਖ-ਵੱਖ ਰੈਂਕਾਂ ਦੇ ਇਨ੍ਹਾਂ ਨਵੇਂ ਭਰਤੀ ਪੁਲਿਸ ਜਵਾਨਾਂ ਨੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ, ਫਿਲੌਰ, ਪੁਲਿਸ ਰਿਕਰੂਟ ਟ੍ਰੇਨਿੰਗ ਸੈਂਟਰ, ਜਹਾਨ ਖੇਲਾਂ (ਹੁਸ਼ਿਆਰਪੁਰ) ਅਤੇ ਇਨ-ਸਰਵਿਸ ਟ੍ਰੇਨਿੰਗ ਸੈਂਟਰ, ਕਪੂਰਥਲਾ ਵਿੱਚ ਸਿਖਲਾਈ ਪ੍ਰਾਪਤ ਕੀਤੀ ਹੈ।”
ਉਨ੍ਹਾਂ ਅੱਗੇ ਕਿਹਾ, “ਮਾਰਚ, 2022 ਤੋਂ ਲੈ ਕੇ ਹੁਣ ਤੱਕ ਪੰਜਾਬ ਸਰਕਾਰ ਨੇ ਵੱਖ-ਵੱਖ ਕਾਡਰਾਂ ਅਤੇ ਰੈਂਕਾਂ ਦੇ 12,010 ਤੋਂ ਵੱਧ ਪੁਲਿਸ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਹਨ। ਇਨ੍ਹਾਂ ਵਿੱਚ 1,062 ਸਬ-ਇੰਸਪੈਕਟਰ, 450 ਹੈੱਡ ਕਾਂਸਟੇਬਲ, 10,098 ਕਾਂਸਟੇਬਲ ਅਤੇ 400 ਸਿਵਲੀਅਨ ਸਟਾਫ ਸ਼ਾਮਲ ਹੈ, ਜਿਨ੍ਹਾਂ ਨੇ ਵੱਖ-ਵੱਖ ਪੰਜਾਬ ਪੁਲਿਸ ਸਿਖਲਾਈ ਕੇਂਦਰਾਂ ਵਿੱਚ ਸਿਖਲਾਈ ਪ੍ਰਾਪਤ ਕੀਤੀ ਹੈ।”
ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਮੌਜੂਦਾ ਸਰਕਾਰ ਅਧੀਨ ਭਰਤੀ ਪ੍ਰਕਿਰਿਆ ਨਿਰੰਤਰ ਜਾਰੀ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜਦੋਂ ਤੋਂ ਸਾਡੀ ਸਰਕਾਰ ਸੱਤਾ ਵਿੱਚ ਆਈ ਹੈ, ਪੰਜਾਬ ਪੁਲਿਸ ਭਰਤੀ ਪ੍ਰਕਿਰਿਆ ਹਰ ਸਾਲ ਜਾਰੀ ਰਹੀ ਹੈ। ਇਸੇ ਲੜੀ ਤਹਿਤ ਸਾਲ 2025 ਤੋਂ 1,900 ਤੋਂ ਵੱਧ ਭਰਤੀ ਕੀਤੇ ਜਵਾਨਾਂ ਲਈ ਮੁੱਢਲੀ ਸਿਖਲਾਈ ਮਾਰਚ, 2026 ਵਿੱਚ ਸ਼ੁਰੂ ਹੋ ਗਈ। ਇਸੇ ਤਰ੍ਹਾਂ 1,746 ਕਾਂਸਟੇਬਲਾਂ ਦੀ ਭਰਤੀ ਪ੍ਰਕਿਰਿਆ ਲਗਭਗ ਪੂਰੀ ਹੋ ਗਈ ਹੈ ਅਤੇ ਉਨ੍ਹਾਂ ਨੂੰ ਛੇਤੀ ਹੀ ਨਿਯੁਕਤੀ ਪੱਤਰ ਜਾਰੀ ਕੀਤੇ ਜਾਣਗੇ।” ਉਨ੍ਹਾਂ ਅੱਗੇ ਕਿਹਾ, “ਸਾਲ 2026 ਵਿੱਚ ਕੀਤੀ ਜਾਣ ਵਾਲੀ 3,400 ਪੁਲਿਸ ਜਵਾਨਾਂ ਦੀ ਭਰਤੀ ਪ੍ਰਕਿਰਿਆ ਛੇਤੀ ਹੀ ਸ਼ੁਰੂ ਹੋਵੇਗੀ।”
ਤਕਨੀਕੀ ਅਪਗ੍ਰੇਡੇਸ਼ਨ ‘ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬਾ ਸਰਕਾਰ ਪੰਜਾਬ ਪੁਲਿਸ ਨੂੰ ਤਕਨੀਕੀ ਤੌਰ ‘ਤੇ ਲੈਸ ਕਰਨ ਅਤੇ ਹੋਰ ਸਮਰੱਥਵਾਨ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ।” ਉਨ੍ਹਾਂ ਅੱਗੇ ਕਿਹਾ, “ਪੰਜਾਬ, ਦੇਸ਼ ਦਾ ਪਹਿਲਾ ਸੂਬਾ ਹੈ ਜਿਸ ਨੇ ਤਕਨੀਕੀ ਮੁਹਾਰਤ ਵਿੱਚ ਨਿਪੁੰਨ 182 ਸਬ-ਇੰਸਪੈਕਟਰਾਂ ਦੀ ਭਰਤੀ ਕੀਤੀ ਹੈ ਜਿਸ ਵਿੱਚ 112 ਤਕਨੀਕੀ ਮਾਹਿਰ, 11 ਫੋਰੈਂਸਿਕ ਮਾਹਿਰ, ਐਚ.ਆਰ. ਮੈਨੇਜਰ ਅਤੇ 30 ਕੌਂਸਲਰ ਅਤੇ ਤਕਨੀਕੀ ਖੇਤਰਾਂ ਵਿੱਚ ਮੁਹਾਰਤ ਵਾਲੇ 1,547 ਕਾਂਸਟੇਬਲ ਸ਼ਾਮਲ ਹਨ।” ਉਨ੍ਹਾਂ ਕਿਹਾ, “ਇਸ ਭਰਤੀ ਦਾ ਮੁੱਖ ਉਦੇਸ਼ ਆਪਣੇ ਤਕਨੀਕੀ ਸੇਵਾਵਾਂ ਵਿੰਗ ਰਾਹੀਂ ਸਾਈਬਰ ਅਪਰਾਧ, ਵਿੱਤੀ ਧੋਖਾਧੜੀ, ਗੈਂਗਸਟਰ, ਅੱਤਵਾਦ, ਨਸ਼ੀਲੇ ਪਦਾਰਥਾਂ ਅਤੇ ਇਸ ਤਰ੍ਹਾਂ ਦੇ ਅਪਰਾਧਾਂ ਦਾ ਮੁਕਾਬਲਾ ਕਰਨਾ ਹੈ।”
ਉਨ੍ਹਾਂ ਅੱਗੇ ਕਿਹਾ, “ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਵਿੱਚੋਂ ਜ਼ਿਆਦਾਤਰ ਅਧਿਕਾਰੀ ਬੀ.ਟੈਕ, ਐਮ.ਟੈੱਕ ਅਤੇ ਐਲ.ਐਲ.ਬੀ. ਵਰਗੀਆਂ ਯੋਗਤਾਵਾਂ ਰੱਖਦੇ ਹਨ।” ਵਿਸ਼ੇਸ਼ ਭਰਤੀ ਬਾਰੇ ਵਿਸਥਾਰ ਵਿੱਚ ਦੱਸਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਪੁਲਿਸ ਦੇ ਬਿਊਰੋ ਆਫ਼ ਇਨਵੈਸਟੀਗੇਸ਼ਨ ਵਿੰਗ ਨੇ 125 ਕਾਨੂੰਨੀ ਅਧਿਕਾਰੀ, 21 ਫੋਰੈਂਸਿਕ ਮਾਹਿਰ, 196 ਆਈ.ਟੀ. ਮਾਹਿਰ ਅਤੇ 77 ਵਿੱਤੀ ਮਾਹਿਰ ਭਰਤੀ ਕੀਤੇ ਹਨ ਜਿਨ੍ਹਾਂ ਨੇ ਸਿਖਲਾਈ ਪੂਰੀ ਕਰ ਲਈ ਹੈ ਅਤੇ ਵੱਖ-ਵੱਖ ਪੰਜਾਬ ਪੁਲਿਸ ਯੂਨਿਟਾਂ ਵਿੱਚ ਤਾਇਨਾਤ ਹੋ ਕੇ ਆਪਣੀਆਂ ਪੇਸ਼ੇਵਰ ਸੇਵਾਵਾਂ ਪ੍ਰਦਾਨ ਕਰ ਰਹੇ ਹਨ।”
ਸੜਕ ਸੁਰੱਖਿਆ ਫੋਰਸ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੜਕ ਹਾਦਸਿਆਂ ਨੂੰ ਰੋਕਣ ਲਈ ਪੰਜਾਬ ਸਰਕਾਰ ਨੇ ਸੜਕ ਸੁਰੱਖਿਆ ਫੋਰਸ ਦਾ ਗਠਨ ਕੀਤਾ ਹੈ, ਜੋ ਕਿ ਸੂਬਾ ਭਰ ਵਿੱਚ ਹਾਦਸੇ ਦੇ ਪੀੜਤਾਂ ਨੂੰ ਤੁਰੰਤ ਸਹਾਇਤਾ ਪ੍ਰਦਾਨ ਕਰ ਰਹੀ ਹੈ।” ਉਨ੍ਹਾਂ ਅੱਗੇ ਕਿਹਾ, “ਸੜਕ ਸੁਰੱਖਿਆ ਫੋਰਸ 146 ਨਵੇਂ ਵਾਹਨਾਂ ਅਤੇ ਆਧੁਨਿਕ ਉਪਕਰਨਾਂ ਨਾਲ ਲੈਸ ਹੈ, ਜਿਸ ਨਾਲ ਹੁਣ ਤੱਕ 46,399 ਜਾਨਾਂ ਬਚਾਈਆਂ ਗਈਆਂ ਹਨ ਅਤੇ ਜ਼ਖਮੀਆਂ ਨੂੰ ਤੁਰੰਤ ਸਹਾਇਤਾ ਪ੍ਰਦਾਨ ਕੀਤੀ ਗਈ ਹੈ।”
ਉਨ੍ਹਾਂ ਅੱਗੇ ਕਿਹਾ, “ਪੁਲਿਸਿੰਗ ਦੇ ਇਸ ਵਿਲੱਖਣ ਉਪਰਾਲੇ ਨੇ ਦੁਨੀਆ ਭਰ ਤੋਂ ਜੱਸ ਖੱਟਿਆ ਹੈ ਅਤੇ ਸੂਬਾ 6 ਮਿੰਟ 20 ਸਕਿੰਟ ਦੇ ਸਮੇਂ ਅੰਦਰ ਹਾਦਸੇ ਵਾਲੇ ਸਥਾਨ ਉਤੇ ਪਹੁੰਚ ਕੇ ਸਹਾਇਤਾ ਦੇਣ ਵਾਲਾ ਵਿਸ਼ੇਸ਼ ਫੋਰਸ ਵਾਲਾ ਪਹਿਲਾ ਸੂਬਾ ਬਣ ਕੇ ਉਭਰਿਆ ਹੈ।” ਭਗਵੰਤ ਸਿੰਘ ਮਾਨ ਨੇ ਕਿਹਾ, “ਐਸ.ਐਸ.ਐਫ. ਨੂੰ ਹਰ 30 ਕਿਲੋਮੀਟਰ ਦੇ ਘੇਰੇ ਵਿੱਚ ਤਾਇਨਾਤ ਕੀਤਾ ਗਿਆ ਹੈ ਜਿਸ ਦੇ ਨਤੀਜੇ ਵਜੋਂ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 48 ਫੀਸਦੀ ਦੀ ਕਮੀ ਆਈ ਹੈ, ਜਿਸ ਦੀ ਭਾਰਤ ਸਰਕਾਰ ਨੇ ਵੀ ਸ਼ਲਾਘਾ ਕੀਤੀ ਹੈ।”
‘ਯੁੱਧ ਨਸ਼ੇ ਵਿਰੁੱਧ’ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਨਸ਼ਿਆਂ ਦੀ ਲਾਹਨਤ ਨੂੰ ਖਤਮ ਕਰਨ ਲਈ ਐਂਟੀ-ਨਾਰਕੋਟਿਕਸ ਟਾਸਕ ਫੋਰਸ ਨੂੰ ਆਧੁਨਿਕ ਅਤੇ ਅਪਗ੍ਰੇਡ ਕੀਤਾ ਗਿਆ ਹੈ, ਜਿਸ ਵਿੱਚ ਆਈ.ਟੀ. ਬੁਨਿਆਦੀ ਢਾਂਚਾ ਵੀ ਸ਼ਾਮਲ ਹੈ।” ਉਨ੍ਹਾਂ ਅੱਗੇ ਕਿਹਾ, “ਪੰਜਾਬ ਸਰਕਾਰ ਨੇ ਮਾਰਚ, 2025 ਵਿੱਚ ‘ਯੁੱਧ ਨਸ਼ੇ ਵਿਰੁੱਧ’ ਮੁਹਿੰਮ ਸ਼ੁਰੂ ਕੀਤੀ ਸੀ, ਜਿਸ ਦੇ ਤਹਿਤ 50,238 ਤੋਂ ਵੱਧ ਗ੍ਰਿਫ਼ਤਾਰੀਆਂ, 35,133 ਐਫ.ਆਈ.ਆਰ. ਅਤੇ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਜ਼ਬਤ ਕੀਤੇ ਗਏ ਹਨ, ਜਿਨ੍ਹਾਂ ਵਿੱਚ 2,230 ਕਿਲੋਗ੍ਰਾਮ ਹੈਰੋਇਨ, 668 ਕਿਲੋਗ੍ਰਾਮ ਅਫੀਮ ਅਤੇ 29 ਟਨ ਭੁੱਕੀ ਸ਼ਾਮਲ ਹੈ।” ਉਨ੍ਹਾਂ ਕਿਹਾ, “ਨਸ਼ਿਆਂ ਦੀ ਸਪਲਾਈ ਲਾਈਨ ਤੋੜ ਦਿੱਤੀ ਗਈ ਹੈ ਅਤੇ ਆਮ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਹੇਠਲੇ ਪੱਧਰ ‘ਤੇ ਨਸ਼ੀਲੇ ਪਦਾਰਥਾਂ ਦਾ ਖਾਤਮਾ ਕੀਤਾ ਜਾ ਰਿਹਾ ਹੈ।”
ਮੁੜ ਵਸੇਬੇ ਦੇ ਯਤਨਾਂ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਸਕੂਲਾਂ, ਕਾਲਜਾਂ, ਪਿੰਡਾਂ ਅਤੇ ਜਨਤਕ ਥਾਵਾਂ ‘ਤੇ ਜਾਗਰੂਕਤਾ ਮੁਹਿੰਮਾਂ ਚਲਾਉਣ ਦੇ ਨਾਲ-ਨਾਲ ਨਸ਼ਾ ਛੁਡਾਊ ਕੇਂਦਰਾਂ ਨੂੰ ਮੁਫ਼ਤ ਸਲਾਹ ਸੇਵਾਵਾਂ ਅਤੇ ਦਵਾਈਆਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।”
ਪੁਲਿਸ ਫੋਰਸ ਦੀ ਭੂਮਿਕਾ ਬਾਰੇ ਗੱਲ ਕਰਦਿਆਂ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਪੁਲਿਸ ਨੇ ਹਮੇਸ਼ਾ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਅਤੇ ਸਰਹੱਦੀ ਸੂਬੇ ਪੰਜਾਬ ਵਿੱਚ ਸ਼ਾਂਤੀ ਬਣਾਈ ਰੱਖਣ ਲਈ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਈ ਹੈ।” ਉਨ੍ਹਾਂ ਅੱਗੇ ਕਿਹਾ, “ਸਾਡੇ ਪੁਲਿਸ ਮੁਲਾਜ਼ਮਾਂ ਦੀਆਂ ਕੁਰਬਾਨੀਆਂ ਕਾਰਨ ਪੰਜਾਬ ਵਿੱਚ ਸ਼ਾਂਤੀ ਬਰਕਰਾਰ ਹੋਈ ਹੈ।”
ਬਾਹਰੀ ਖਤਰਿਆਂ ਬਾਰੇ ਚੇਤਾਵਨੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇੱਕ ਸਰਹੱਦੀ ਸੂਬਾ ਹੋਣ ਦੇ ਨਾਤੇ, ਪੰਜਾਬ ਨੂੰ ਗੁਆਂਢੀ ਦੇਸ਼ਾਂ ਵੱਲੋਂ ਸਾਡੇ ਨੌਜਵਾਨਾਂ ਨੂੰ ਭਰਮਾਉਣ ਅਤੇ ਪੰਜਾਬ ਨੂੰ ਕਾਲੇ ਯੁੱਗ ਵਿੱਚ ਵਾਪਸ ਧੱਕਣ ਦੀਆਂ ਨਾਪਾਕ ਕੋਸ਼ਿਸ਼ਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਨ੍ਹਾਂ ਨੂੰ ਕਿਸੇ ਵੀ ਕੀਮਤ ‘ਤੇ ਸਫਲ ਨਹੀਂ ਹੋਣ ਦਿੱਤਾ ਜਾਵੇਗਾ।”
ਉਨ੍ਹਾਂ ਆਸ ਪ੍ਰਗਟਾਈ ਕਿ “ਪੰਜਾਬ ਪੁਲਿਸ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਅਤੇ ਦੁਸ਼ਮਣ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦੇਣ ਲਈ ਪੂਰੀ ਤਾਕਤ ਨਾਲ ਆਪਣਾ ਫਰਜ਼ ਨਿਭਾਉਂਦੀ ਰਹੇਗੀ।” ਉਨ੍ਹਾਂ ਅੱਗੇ ਕਿਹਾ, “ਪੰਜਾਬ ਪੁਲਿਸ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਸੂਬੇ ਅਤੇ ਦੇਸ਼ ਦੀ ਸੇਵਾ ਕਰਨ ਦੀ ਆਪਣੀ ਸ਼ਾਨਦਾਰ ਵਿਰਾਸਤ ਨੂੰ ਹਮੇਸ਼ਾ ਕਾਇਮ ਰੱਖੇਗੀ।”
ਹਾਲ ਹੀ ਦੀਆਂ ਘਟਨਾਵਾਂ ਦਾ ਹਵਾਲਾ ਦਿੰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਦੋ ਪੁਲਿਸ ਕਰਮਚਾਰੀਆਂ ਨੂੰ ਸ਼ਹੀਦ ਕਰਨ ਦੇ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਕਾਬੂ ਕਰ ਲਿਆ ਗਿਆ ਹੈ ਅਤੇ ਪਾਕਿਸਤਾਨ ਦੀ ਸ਼ਹਿ ਪ੍ਰਾਪਤ ਤਾਕਤਾਂ ਨੇ ਅਜਿਹੀ ਘਿਨਾਉਣੀ ਕਾਰਵਾਈ ਰਾਹੀਂ ਪੁਲਿਸ ਫੋਰਸ ਦੇ ਮਨੋਬਲ ਨੂੰ ਸੱਟ ਮਾਰਨ ਦੀ ਕੋਸ਼ਿਸ਼ ਕੀਤੀ ਸੀ।”
ਉਨ੍ਹਾਂ ਅੱਗੇ ਕਿਹਾ, “ਇਹ ਨਾਪਾਕ ਤਾਕਤਾਂ ਭੁੱਲ ਗਈਆਂ ਸਨ ਕਿ ਬਹਾਦਰ ਪੰਜਾਬ ਪੁਲਿਸ ਫੋਰਸ ਸੂਬੇ ਵਿੱਚ ਅਸਥਿਰਤਾ ਪੈਦਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਨਹੀਂ ਬਖਸ਼ਦੀ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਪੁਲਿਸ ਬੜੀ ਘਾਲਣਾ ਘਾਲ ਕੇ ਹਾਸਲ ਕੀਤੀ ਸੂਬੇ ਦੀ ਸ਼ਾਂਤੀ ਨੂੰ ਸੁਰੱਖਿਅਤ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।”
ਸਿਖਲਾਈ ਢਾਂਚੇ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬਾ ਸਰਕਾਰ ਨੇ ਪੰਜਾਬ ਭਰ ਵਿੱਚ ਅਤਿ-ਆਧੁਨਿਕ ਪੁਲਿਸ ਸਿਖਲਾਈ ਕੇਂਦਰ ਸਥਾਪਤ ਕੀਤੇ ਹਨ ਜਿਨ੍ਹਾਂ ਦਾ ਦੇਸ਼ ਭਰ ਵਿੱਚ ਸ਼ਾਇਦ ਹੀ ਕੋਈ ਮੁਕਾਬਲਾ ਹੋਵੇ।” ਉਨ੍ਹਾਂ ਅੱਗੇ ਕਿਹਾ, “ਦੇਸ਼ ਭਰ ਦੇ ਕਈ ਸੂਬੇ ਆਧੁਨਿਕ ਸਿਖਲਾਈ ਦੇਣ ਲਈ ਪੰਜਾਬ ਪੁਲਿਸ ਨਾਲ ਸੰਪਰਕ ਕਰਦੇ ਹਨ। ਨਾ ਸਿਰਫ਼ ਦੇਸ਼ ਭਰ ਤੋਂ, ਸਗੋਂ ਹੋਰ ਦੇਸ਼ਾਂ ਦੀਆਂ ਕਈ ਫੋਰਸਾਂ ਵੀ ਆਪਣੀ ਪੁਲਿਸ ਫੋਰਸ ਨੂੰ ਸਿਖਲਾਈ ਦੇਣ ਲਈ ਪੰਜਾਬ ਨਾਲ ਸੰਪਰਕ ਕਰਦੀਆਂ ਹਨ।”
ਆਧੁਨਿਕ ਤਕਨਾਲੋਜੀ ਦੀ ਵਰਤੋਂ ਬਾਰੇ ਗੱਲ ਕਰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬਾ ਸਰਕਾਰ ਨੇ ਪੰਜਾਬ ਪੁਲਿਸ ਦੀ ਕੁਸ਼ਲਤਾ ਵਧਾਉਣ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਤਕਨੀਕ ਪੇਸ਼ ਕੀਤੀ ਹੈ ਤਾਂ ਜੋ ਇਸ ਨੂੰ ਦੇਸ਼ ਦੀ ਮੋਹਰੀ ਫੋਰਸ ਬਣਾਇਆ ਜਾ ਸਕੇ।” ਉਨ੍ਹਾਂ ਅੱਗੇ ਕਿਹਾ, “ਇਹ ਪਹਿਲਕਦਮੀ ਸੂਬੇ ਵਿੱਚ ਪੁਲਿਸਿੰਗ ਨੂੰ ਹੋਰ ਬਿਹਤਰ ਬਣਾਉਣ ਅਤੇ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਵਿੱਚ ਬੇਹੱਦ ਅਹਿਮ ਭੂਮਿਕਾ ਨਿਭਾਏਗੀ।” ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਪੁਲਿਸ ਫੋਰਸ ਨੂੰ ਬਿਹਤਰ ਅਭਿਆਸਾਂ ਨਾਲ ਲੈਸ ਕਰਨ ਅਤੇ ਵਿਗਿਆਨਕ ਢੰਗ ਨਾਲ ਇਸ ਨੂੰ ਵਿਕਸਤ ਕਰਨ ਵਿੱਚ ਇੱਕ ਮੀਲ ਪੱਥਰ ਵਜੋਂ ਕੰਮ ਕਰੇਗੀ।”
ਉਨ੍ਹਾਂ ਕਿਹਾ, “ਸਰਹੱਦੀ ਸੂਬਾ ਹੋਣ ਕਰਕੇ, ਸੂਬਾ ਵਿਰੋਧੀ ਤਾਕਤਾਂ ਪ੍ਰਾਪਤ ਕੀਤੀ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਲਈ ਨਾਪਾਕ ਮਨਸੂਬੇ ਘੜ ਰਹੀਆਂ ਹਨ ਪਰ ਪੰਜਾਬ ਪੁਲਿਸ ਨੇ ਹਮੇਸ਼ਾ ਹੀ ਅਜਿਹੀਆਂ ਕੋਸ਼ਿਸ਼ਾਂ ਨੂੰ ਨਾਕਾਮ ਕੀਤਾ ਹੈ।” ਉਨ੍ਹਾਂ ਅੱਗੇ ਕਿਹਾ, “ਸੂਬੇ ਨੂੰ ਦਰਪੇਸ਼ ਵੱਡੀਆਂ ਚੁਣੌਤੀਆਂ ਨੂੰ ਦੂਰ ਕਰਨ ਲਈ ਇਹ ਬੇਹੱਦ ਜ਼ਰੂਰੀ ਹੈ ਕਿ ਪੁਲਿਸ ਫੋਰਸ ਨੂੰ ਜਾਂਚ, ਵਿਗਿਆਨ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਉੱਨਤ ਜ਼ਰੂਰਤਾਂ ਅਨੁਸਾਰ ਅਪਡੇਟ ਕੀਤਾ ਜਾਵੇ।” ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ ਕਿ ਪੰਜਾਬ ਪੁਲਿਸ ਪੂਰੀ ਪੇਸ਼ੇਵਾਰਾਨਾ ਢੰਗ ਨਾਲ ਲੋਕਾਂ ਦੀ ਸੇਵਾ ਕਰਨ ਦੀ ਆਪਣੀ ਸ਼ਾਨਦਾਰ ਵਿਰਾਸਤ ਨੂੰ ਹਮੇਸ਼ਾ ਬਰਕਰਾਰ ਰੱਖੇਗੀ।”
ਨਵ-ਨਿਯੁਕਤਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਤੁਹਾਡੇ ਲਈ ਇੱਕ ਯਾਦਗਾਰੀ ਪਲ ਹੈ ਕਿਉਂਕਿ ਤੁਸੀਂ ਪੰਜਾਬ ਪੁਲਿਸ ਪਰਿਵਾਰ ਦਾ ਅਨਿੱਖੜਵਾਂ ਅੰਗ ਬਣ ਗਏ ਹੋ।” ਉਨ੍ਹਾਂ ਨੇ ਨਵ-ਨਿਯੁਕਤ ਜਵਾਨਾਂ ਨੂੰ ਆਪਣੀ ਡਿਊਟੀ ਪੂਰੀ ਲਗਨ, ਸਖ਼ਤ ਮਿਹਨਤ ਅਤੇ ਵਚਨਬੱਧਤਾ ਨਾਲ ਨਿਭਾਉਣ ਲਈ ਕਿਹਾ ਤਾਂ ਜੋ ਸੂਬੇ ਦੀ ਤਰੱਕੀ ਤੇ ਲੋਕਾਂ ਦੀ ਖੁਸ਼ਹਾਲੀ ਵਿੱਚ ਅਹਿਮ ਯੋਗਦਾਨ ਪਾਇਆ ਜਾ ਸਕੇ।” ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਪੁਲਿਸ ਮੁਲਾਜ਼ਮਾਂ ਨੂੰ ਆਮ ਲੋਕਾਂ ਦੀਆਂ ਮੁਸ਼ਕਲਾਂ ਨੂੰ ਘਟਾਉਣ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ।”
ਇਸ ਤੋਂ ਪਹਿਲਾਂ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਮੁੱਖ ਮੰਤਰੀ ਦਾ ਸਵਾਗਤ ਕੀਤਾ ਅਤੇ ਨਵ-ਨਿਯੁਕਤ ਜਵਾਨਾਂ ਨੂੰ ਵਧਾਈ ਦਿੱਤੀ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਰੇਡ ਦਾ ਨਿਰੀਖਣ ਕੀਤਾ ਅਤੇ ਬਿਹਤਰ ਪ੍ਰਦਰਸ਼ਨ ਕਰਨ ਵਾਲੇ ਕੈਡਿਟਾਂ ਨੂੰ ਸਨਮਾਨਿਤ ਕੀਤਾ।
ਸਮਾਰੋਹ ਦੌਰਾਨ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਰੇਡ ਦਾ ਵਿਆਪਕ ਨਿਰੀਖਣ ਕੀਤਾ, ਮਾਰਚਿੰਗ ਟੁਕੜੀਆਂ ਦਾ ਨੇੜਿਓਂ ਜਾਇਜ਼ਾ ਲਿਆ ਅਤੇ ਕਾਰਵਾਈ ਦੀ ਨਿਗਰਾਨੀ ਕਰ ਰਹੇ ਸੀਨੀਅਰ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਨਵ-ਨਿਯੁਕਤ ਪੁਲਿਸ ਜਵਾਨਾਂ ਵੱਲੋਂ ਦਿਖਾਏ ਗਏ ਅਨੁਸ਼ਾਸਨ, ਤਾਲਮੇਲ ਅਤੇ ਉੱਚ ਮਿਆਰਾਂ ਦੀ ਸ਼ਲਾਘਾ ਕਰਦਿਆਂ ਰਸਮੀ ਸਲਾਮੀ ਲਈ। ਮੁੱਖ ਮੰਤਰੀ ਨੇ ਸਿਖਲਾਈ ਦੌਰਾਨ ਉਨ੍ਹਾਂ ਦੇ ਬੇਮਿਸਾਲ ਪ੍ਰਦਰਸ਼ਨ, ਸਮਰਪਣ ਅਤੇ ਵਚਨਬੱਧਤਾ ਦੀ ਸ਼ਲਾਘਾ ਕਰਦਿਆਂ ਬਿਹਤਰ ਪ੍ਰਦਰਸ਼ਨ ਕਰਨ ਵਾਲੇ ਸਿਖਿਆਰਥੀਆਂ ਅਤੇ ਕੈਡਿਟਾਂ ਨੂੰ ਪੁਰਸਕਾਰ ਅਤੇ ਪ੍ਰਸ਼ੰਸਾ ਪੱਤਰ ਵੀ ਵੰਡੇ। ਇਸ ਸਮਾਗਮ ਦੌਰਾਨ ਪੰਜਾਬ ਦੇ ਅਮੀਰ ਵਿਰਸੇ ਨੂੰ ਦਰਸਾਉਂਦੀਆਂ ਸੱਭਿਆਚਾਰਕ ਪੇਸ਼ਕਾਰੀਆਂ ਕੀਤੀਆਂ ਗਈਆਂ ਅਤੇ ਪਾਸਿੰਗ ਆਊਟ ਪਰੇਡ ਰਾਹੀਂ ਇਸ ਸਮਾਗਮ ਨੂੰ ਨਵ-ਨਿਯੁਕਤ ਪੁਲਿਸ ਜਵਾਨਾਂ, ਉਨ੍ਹਾਂ ਦੇ ਪਰਿਵਾਰਾਂ ਅਤੇ ਸਮੁੱਚੀ ਪੰਜਾਬ ਪੁਲਿਸ ਲਈ ਮਾਣਮੱਤਾ ਅਤੇ ਯਾਦਗਾਰੀ ਪਲ ਬਣਾਇਆ ਗਿਆ।

ਕੌਮਾਂਤਰੀ ਮਹਿਲਾ ਦਿਵਸ ਮੌਕੇ ਔਰਤਾਂ ਨੂੰ ਮਿਲੇਗਾ ਤੋਹਫਾ

ਕੌਮਾਂਤਰੀ ਮਹਿਲਾ ਦਿਵਸ ਔਰਤਾਂ ਨੂੰ ਮਿਲੇਗਾ ਤੋਹਫਾ

ਮੱਖੂ, 25 ਫਰਵਰੀ :

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਔਰਤਾਂ ਲਈ ਵੱਡਾ ਵਾਅਦਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਬੋਲਦੇ ਹੋਏ ਕਿਹਾ ਕਿ ਆਉਣ ਵਾਲੇ 8 ਮਾਰਚ ਨੂੰ ਕੌਮਾਂਤਰੀ ਮਹਿਲਾ ਦਿਵਸ ਦਿਨ ਕੋਈ ਤੋਹਫਾ ਤਾਂ ਬਣਦਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈਸ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ 8 ਮਾਰਚ ਐਤਵਾਰ ਨੂੰ ਪੰਜਾਬ ਦਾ ਬਜਟ ਪੇਸ਼ ਕੀਤਾ ਜਾਵੇਗਾ। ਇਸ ਕੌਮਾਂਤਰੀ ਮਹਿਲਾ ਦਿਵਸ ਮੌਕੇ ਧੀਆਂ, ਭੈਣਾਂ, ਮਾਵਾਂ ਨੂੰ ਵਿਸ਼ੇਸ਼ ਕੋਈ ਤੋਹਫਾ ਦੇਣਾ ਤਾਂ ਬਣਦਾ ਹੈ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਔਰਤਾਂ ਨੂੰ ਹਜ਼ਾਰ ਰੁਪਏ ਮਹੀਨਾ ਦੇਣ ਦਾ ਵਾਅਦਾ ਕੀਤਾ ਗਿਆ ਸੀ। ਹੁਣ ਉਹ ਵਾਅਦਾ ਇਸ ਬਜਟ ਵਿਚ ਪੂਰਾ ਹੋ ਸਕਦਾ ਹੈ।

ਚੰਡੀਗੜ੍ਹ ’ਚ ਸਕੱਤਰੇਤ ਦੀ ਛੱਤ ਤੋਂ ਸਰਕਾਰੀ ਮੁਲਾਜ਼ਮ ਨੇ ਮਾਰੀ ਛਾਲ, ਮੌਤ

ਚੰਡੀਗੜ੍ਹ, 25 ਫਰਵਰੀ :

ਚੰਡੀਗੜ੍ਹ ਵਿਚ ਅੱਜ ਇਕ ਸਰਕਾਰੀ ਮੁਲਾਜ਼ਮ ਨੇ ਸਕੱਤਰੇਤ ਦੀ ਛੱਤ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਹਰਿਆਣਾ ਸਕੱਤਰੇਤ ਦੇ ਮੁਲਾਜ਼ਮ ਨੇ ਸਕੱਤਰੇਤ ਦੀ ਉੱਪਰਲੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ, ਜਿਸ ਕਾਰਨ ਉਸਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਗਣੇਸ਼ ਦਾਸ ਅਰੋੜ ਵਜੋਂ ਹੋਈ ਹੈ। ਮੁਲਾਜ਼ਮ ਇਕ ਆਈਏਐਸ ਅਧਿਕਾਰੀ ਦੇ ਦਫ਼ਤਰ ਵਿਚ ਤੈਨਾਤ ਸੀ। ਘਟਨਾ ਦਾ ਪਤਾ ਚਲਦਿਆਂ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ। ਤੁਰੰਤ ਸਰਕਾਰੀ ਹਸਪਤਾਲ ਸੈਕਟਰ 16 ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ।

ਵਿਜੀਲੈਂਸ ਬਿਊਰੋ ਨੇ ਏਐਸਆਈ ਨੂੰ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

ਚੰਡੀਗੜ੍ਹ 25 ਫਰਵਰੀ, 2026:

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੁਲਿਸ ਚੌਕੀ ਕੈਲਾਸ਼ ਚੌਕ, ਲੁਧਿਆਣਾ ਦੇ ਇੰਚਾਰਜ ਵਜੋਂ ਤਾਇਨਾਤ ਸਹਾਇਕ ਸਬ-ਇੰਸਪੈਕਟਰ ਜਨਕ ਰਾਜ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ, ਸਟੇਟ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਸਿਵਲ ਲਾਈਨ, ਲੁਧਿਆਣਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦੇ ਭਰਾ ਨੂੰ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਜਿਸ ਵਿੱਚ ਮੁਲਜ਼ਮ ਏਐਸਆਈ ਜਾਂਚ ਅਧਿਕਾਰੀ ਸੀ। ਇਸ ਸਬੰਧੀ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਜਦੋਂ ਉਹ ਥਾਣੇ ਵਿੱਚ ਆਪਣੇ ਭਰਾ ਨੂੰ ਮਿਲਣ ਗਿਆ ਤਾਂ ਮੁਲਜ਼ਮ ਏਐਸਆਈ ਨੇ ਉਸਦੇ ਗ੍ਰਿਫ਼ਤਾਰ ਭਰਾ ਨੂੰ ਮਿਲਣ ਬਦਲੇ ਮੌਕੇ ‘ਤੇ ਹੀ ਉਸ ਕੋਲੋਂ 10,000 ਰੁਪਏ ਰਿਸ਼ਵਤ ਲਈ।

ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਏਐਸਆਈ ਨੇ ਸ਼ਿਕਾਇਤਕਰਤਾ ਦੇ ਭਰਾ ਨੂੰ ਹੋਰ ਪੁਲਿਸ ਰਿਮਾਂਡ ‘ਤੇ ਨਾ ਰੱਖਣ ਬਦਲੇ ਐਸਐਚਓ ਲਈ ਦੋ ਲੱਖ ਰੁਪਏ ਅਤੇ ਆਪਣੇ ਲਈ ਪੰਜਾਹ ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਸਬੰਧੀ ਸਾਰੀ ਗੱਲਬਾਤ ਰਿਕਾਰਡ ਕਰ ਲਈ।

ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਰੇਂਜ, ਲੁਧਿਆਣਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ‘ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਏਐਸਆਈ ਜਨਕ ਰਾਜ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ।

ਇਸ ਸਬੰਧੀ, ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਪੁਲਿਸ ਸਟੇਸ਼ਨ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਨਵੇਂ ਚੁਣੇ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦਾਂ ਮੈਂਬਰਾਂ ਨੂੰ ਸਹੁੰ ਚੁਕਾਉਣ ਦਾ ਪ੍ਰੋਗਰਾਮ ਜਾਰੀ

ਚੰਡੀਗੜ੍ਹ, 25 ਫਰਵਰੀ :

ਪੰਜਾਬ ਵਿਚ ਨਵੇਂ ਚੁਣੇ ਗਏ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੂੰ ਸਹੁੰ ਚੁਕਾਉਣ ਦਾ ਪ੍ਰੋਗਰਾਮ ਤੈਅ ਕੀਤਾ ਗਿਆ ਹੈ। ਇਸ ਸਬੰਧੀ ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰ ਨੂੰ ਪੱਤਰ ਜਾਰੀ ਕੀਤਾ ਗਿਆ ਹੈ। ਜਾਰੀ ਪੱਤਰ ਮੁਤਾਬਕ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦਾਂ ਵਿਚ ਚੁਣੇ ਗਏ ਮੈਂਬਰਾਂ ਨੂੰ ਜ਼ਿਲ੍ਹਾ ਪੱਤਰ ਉਤੇ ਸਹੁੰ ਚੁਕਾਈ ਜਾਵੇਗੀ। ਪੰਜਾਬ ਸਰਕਾਰ ਵੱਲੋਂ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦਾਂ ਵਿਚ ਚੁਣੇ ਗਏ ਮੈਂਬਰਾਂ ਨੂੰ ਜ਼ਿਲ੍ਹਾ ਪੱਧਰ ਉਤੇ ਸਹੁੰ ਚੁਕਾਉਣ ਲਈ 27 ਫਰਵਰੀ 2026 ਨਿਸ਼ਚਿਤ ਕੀਤੀ ਗਈ ਹੈ।

ਭਗਵੰਤ ਮਾਨ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਸਬੰਧੀ ਰਜਿਸਟਰੇਸ਼ਨ ਨੂੰ ਬਣਾਇਆ ਸੌਖਾ


ਚੰਡੀਗੜ੍ਹ: 25 ਫਰਵਰੀ:

ਭਗਵੰਤ ਮਾਨ ਸਰਕਾਰ ਨੇ ਅੱਜ ਆਪਣੀ ਪ੍ਰਮੁੱਖ ਮੁੱਖ ਮੰਤਰੀ ਸਿਹਤ ਯੋਜਨਾ (ਐਮਐਮਐਸਵਾਈ) ਸਬੰਧੀ ਰੁਕਾਵਟਾਂ ਨੂੰ ਦੂਰ ਕਰਦਿਆਂ ਐਲਾਨ ਕੀਤਾ ਕਿ ਲੋਕ ਹੁਣ ਸੂਬੇ ਭਰ ਦੇ ਕਾਮਨ ਸਰਵਿਸ ਸੈਂਟਰਾਂ (ਸੀਐਸਸੀ) ਵਿੱਚ ਸਿਰਫ਼ ਆਧਾਰ ਅਤੇ ਵੋਟਰ ਆਈਡੀ ਨਾਲ ਤੁਰੰਤ ਮੌਕੇ ‘ਤੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਿੰਡ ਪੱਧਰ ਦੇ ਉੱਦਮੀਆਂ ਲਈ ਪ੍ਰਦਰਸ਼ਨ-ਅਧਾਰਤ ਪ੍ਰੋਤਸਾਹਨਾਂ ਦੀ ਵੀ ਸ਼ੁਰੂਆਤ ਕੀਤੀ, ਜਿਸ ਤਹਿਤ ਬਿਹਤਰ ਪ੍ਰਦਰਸ਼ਨ ਕਰਨ ਵਾਲਿਆਂ ਲਈ ਪੰਜਾਬ ਸਰਕਾਰ ਵਿੱਚ ਤਰਜੀਹੀ ਤੌਰ ਉਤੇ ਰੁਜ਼ਗਾਰ ਦੇ ਮੌਕੇ ਦੇਣ ਦਾ ਵਾਅਦਾ ਕੀਤਾ ਗਿਆ। ਇਸ ਤੋਂ ਇਲਾਵਾ ਯੋਜਨਾ ਦੇ 100 ਫੀਸਦੀ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ ਇੱਕ ਸੂਬਾ ਪੱਧਰੀ ਲਾਮਬੰਦੀ ਮੁਹਿੰਮ ਸ਼ੁਰੂ ਕੀਤੀ ਗਈ।

ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਡਿਪਟੀ ਕਮਿਸ਼ਨਰਾਂ ਨਾਲ ਇੱਕ ਉੱਚ ਪੱਧਰੀ ਵਰਚੁਅਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ, ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅਧਿਕਾਰੀਆਂ ਨੂੰ ਰਵਾਇਤੀ ਤਰੀਕਿਆਂ ਤੋਂ ਹੱਟ ਕੇ ਰਜਿਸਟ੍ਰੇਸ਼ਨ ਮੁਹਿੰਮ ਦਾ ਵਿਸਥਾਰ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕੋਈ ਵੀ ਪੰਜਾਬ ਨਿਵਾਸੀ ਜਿਸ ਕੋਲ ਆਧਾਰ ਕਾਰਡ ਅਤੇ ਪੰਜਾਬ ਵੋਟਰ ਆਈਡੀ ਹੈ, ਉਹ ਇਸ ਯੋਜਨਾ ਵਿੱਚ ਨਾਮ ਦਰਜ ਕਰਵਾਉਣ ਲਈ ਕਿਸੇ ਵੀ ਕਾਮਨ ਸਰਵਿਸ ਸੈਂਟਰ (ਸੀਐਸਸੀ) ਜਾਂ ਨਿਰਧਾਰਤ ਰਜਿਸਟ੍ਰੇਸ਼ਨ ਕੈਂਪ ਵਿੱਚ ਜਾ ਸਕਦਾ ਹੈ।

ਕੁਸ਼ਲਤਾ ਵਿੱਚ ਵਾਧਾ ਕਰਨ ਲਈ ਇੱਕ ਅਹਿਮ ਕਦਮ ਚੁੱਕਦਿਆਂ, ਡਾ. ਬਲਬੀਰ ਸਿੰਘ ਨੇ ਕਾਮਨ ਸਰਵਿਸ ਸੈਂਟਰਾਂ ਨੂੰ ਚਲਾਉਣ ਵਾਲੇ ਪਿੰਡ ਪੱਧਰ ਦੇ ਉੱਦਮੀਆਂ ਲਈ ਪ੍ਰਦਰਸ਼ਨ ਅਧਾਰਤ ਪ੍ਰੋਤਸਾਹਨ ਦਾ ਐਲਾਨ ਕੀਤਾ। ਡਿਜੀਟਲ ਪ੍ਰਸ਼ਾਸਨ ਸਬੰਧੀ ਉਨ੍ਹਾਂ ਦੀ ਮਹੱਤਵਪੂਰਨ ਭੂਮਿਕਾ ਨੂੰ ਮਾਨਤਾ ਦਿੰਦਿਆਂ, ਉਨ੍ਹਾਂ ਕਿਹਾ, “ਰਜਿਸਟ੍ਰੇਸ਼ਨ ਮੁਹਿੰਮ ਵਿੱਚ ਤੇਜ਼ੀ ਲਿਆਉਣ ਸਬੰਧੀ ਸਭ ਤੋਂ ਬਿਹਤਰ ਪ੍ਰਦਰਸ਼ਨ ਕਰਨ ਵਾਲੇ ਪਿੰਡ ਪੱਧਰ ਦੇ ਉੱਦਮੀਆਂ ਨੂੰ ਪੰਜਾਬ ਸਰਕਾਰ ਵਿੱਚ ਤਰਜੀਹੀ ਤੌਰ ਤੇ ਰੁਜ਼ਗਾਰ ਦੇ ਮੌਕੇ ਦਿੱਤੇ ਜਾਣਗੇ।”

ਉਨ੍ਹਾਂ ਅੱਗੇ ਕਿਹਾ ਕਿ ਇਹ ਪਹਿਲਕਦਮੀ ਸੰਭਾਵੀ ਤੌਰ ਤੇ ਪਿੰਡ ਪੱਧਰ ਦੇ ਉੱਦਮੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ ਨਾਲ ਹਰੇਕ ਕਾਮਨ ਸਰਵਿਸ ਸੈਂਟਰ ਨੂੰ ਪੰਜਾਬ ਦੇ ਲੋਕਾਂ ਲਈ ਸਿਹਤ ਕਵਰੇਜ ਹਾਸਲ ਕਰਨ ਦੇ ਸਮਰਪਿਤ ਗਤੀਵਿਧੀ ਕੇਂਦਰ ਵਿੱਚ ਬਦਲ ਦੇਵੇਗੀ।

ਸਰਕਾਰ ਦੀ ਵਚਨਬੱਧਤਾ ’ਤੇ ਜ਼ੋਰ ਦਿੰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ, ‘ਸਿਹਤ ਸੰਭਾਲ ਇੱਕ ਅਧਿਕਾਰ ਹੈ, ਕੋਈ ਵਿਸ਼ੇਸ਼ ਸਹੂਲਤ ਨਹੀਂ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਵਿੱਚ ਇੱਕ ਵੀ ਪਰਿਵਾਰ ਨੂੰ ਮਹਿੰਗੇ ਡਾਕਟਰੀ ਇਲਾਜ ਕਾਰਨ ਗਰੀਬੀ ਰੇਖਾ ਤੋਂ ਹੇਠਾਂ ਨਹੀਂ ਜਾਣ ਦੇਵੇਗੀ। ਸਿਰਫ਼ ਦੋ ਜਰੂਰੀ ਦਸਤਾਵੇਜ਼ਾਂ ਨਾਲ ਰਜਿਸਟਰੇਸ਼ਨ ਕਰਨ ਦੀ ਸਹੂਲਤ ਦੇ ਕੇ ਸਰਕਾਰ ਨਾਗਰਿਕਾਂ ਅਤੇ ਉਨ੍ਹਾਂ ਦੇ ਮੁਫ਼ਤ ਸਿਹਤ ਸੰਭਾਲ ਦੇ ਅਧਿਕਾਰ ਦਰਮਿਆਨ ਆਉਂਦੀ ਹਰ  ਰੁਕਾਵਟ ਨੂੰ ਦੂਰ ਕਰ ਰਹੀ ਹੈ।’’

ਸਕੀਮ ਦੇ 100 ਫੀਸਦੀ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਸਿਹਤ ਮੰਤਰੀ ਨੇ ਇੱਕ ਜ਼ਮੀਨੀ ਪੱਧਰ ’ਤੇ ਵੱਡੀ ਲਾਮਬੰਦੀ ਮੁਹਿੰਮ ਸ਼ੁਰੂ ਕੀਤੀ ਅਤੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਰਾਜ ਦੇ ਮਾਨਤਾ ਪ੍ਰਾਪਤ ਸਮਾਜਿਕ ਸਿਹਤ ਕਰਮੀਆਂ ਅਤੇ ਆਂਗਣਵਾੜੀ ਵਰਕਰਾਂ ਦੇ ਵਿਆਪਕ ਨੈੱਟਵਰਕ ਨੂੰ ਸਰਗਰਮ ਕਰਨ ਦੇ ਨਿਰਦੇਸ਼ ਦਿੱਤੇ। ਇਹ ਫਰੰਟਲਾਈਨ ਵਰਕਰ ਯੋਗ ਪਰਿਵਾਰਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਨੇੜਲੇ ਨਾਮਾਂਕਣ ਕੇਂਦਰਾਂ ਬਾਰੇ ਸੇਧ ਦੇਣ ਲਈ ਘਰ-ਘਰ ਮੁਹਿੰਮ ਚਲਾਉਣਗੇ ਤਾਂ ਜੋ  ਇਹ ਯਕੀਨੀ ਬਣਾਇਆ ਜਾ ਸਕੇ ਕਿ ਕਮਜ਼ੋਰ ਵਰਗ ਦਾ ਕੋਈ ਬਾਸ਼ਿੰਦਾ ਇਸ ਸਕੀਮ ਤੋਂ ਵਾਂਝਾ  ਨਾ ਰਹੇ।

ਇਸ ਵਰਚੁਅਲ ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਸ਼੍ਰੀ ਕੁਮਾਰ ਰਾਹੁਲ, ਮੈਂਬਰ ਪੰਜਾਬ ਵਿਕਾਸ ਕਮਿਸ਼ਨ ਸ਼੍ਰੀ ਅਨੁਰਾਗ ਕੁੰਡੂ, ਮੁੱਖ ਕਾਰਜਕਾਰੀ ਅਧਿਕਾਰੀ ਰਾਜ ਸਿਹਤ ਏਜੰਸੀ ਸ਼੍ਰੀ ਸੰਯਮ ਅਗਰਵਾਲ, ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਡਾ. ਹਿਤਿੰਦਰ ਕੌਰ ਅਤੇ ਸਿਹਤ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਹੋਏ।

ਪ੍ਰਧਾਨ ਮੰਤਰੀ ਮੋਦੀ ਅੱਜ ਤੋਂ ਇਜ਼ਰਾਈਲ ਦੇ ਦੌਰੇ ’ਤੇ ਜਾਣਗੇ

ਨਵੀਂ ਦਿੱਲੀ, 25 ਫਰਵਰੀ :

ਇਜ਼ਰਾਈਲ ਦੇ ਪ੍ਰਧਾਨ ਮੰਤਰੀ ਸ਼੍ਰੀ ਬੈਂਜਾਮਿਨ ਨੇਤਨਯਾਹੂ ਦੇ ਸੱਦੇ ’ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 25-26 ਫਰਵਰੀ, 2026 ਨੂੰ ਇਜ਼ਰਾਈਲ ਦੇ ਸਰਕਾਰੀ ਦੌਰੇ ’ਤੇ ਜਾਣਗੇ। ਇਹ ਪ੍ਰਧਾਨ ਮੰਤਰੀ ਦਾ ਇਜ਼ਰਾਈਲ ਦਾ ਦੂਜਾ ਦੌਰਾ ਹੋਵੇਗਾ।

ਇਸ ਦੌਰੇ ਦੌਰਾਨ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਸ਼੍ਰੀ ਬੈਂਜਾਮਿਨ ਨੇਤਨਯਾਹੂ ਨਾਲ ਮੁਲਾਕਾਤ ਕਰਨਗੇ। ਦੋਵੇਂ ਆਗੂ ਭਾਰਤ-ਇਜ਼ਰਾਈਲ ਰਣਨੀਤਕ ਭਾਈਵਾਲੀ ਵਿੱਚ ਹੋਈ ਮਹੱਤਵਪੂਰਨ ਪ੍ਰਗਤੀ ਦੀ ਸਮੀਖਿਆ ਕਰਨਗੇ ਅਤੇ ਵਿਗਿਆਨ ਅਤੇ ਤਕਨਾਲੋਜੀ, ਨਵੀਨਤਾ, ਰੱਖਿਆ ਅਤੇ ਸੁਰੱਖਿਆ, ਖੇਤੀਬਾੜੀ, ਪਾਣੀ ਪ੍ਰਬੰਧਨ, ਵਪਾਰ ਅਤੇ ਅਰਥਵਿਵਸਥਾ ਅਤੇ ਲੋਕਾਂ ਤੋਂ ਲੋਕਾਂ ਦੇ ਆਦਾਨ-ਪ੍ਰਦਾਨ ਸਮੇਤ ਵੱਖ-ਵੱਖ ਖੇਤਰਾਂ ਵਿੱਚ ਸਹਿਯੋਗ ਦੇ ਮੌਕਿਆਂ ’ਤੇ ਚਰਚਾ ਕਰਨਗੇ। ਦੋਵਾਂ ਆਗੂਆਂ ਵੱਲੋਂ ਆਪਸੀ ਹਿੱਤ ਦੇ ਖੇਤਰੀ ਅਤੇ ਵਿਸ਼ਵਵਿਆਪੀ ਮੁੱਦਿਆਂ ’ਤੇ ਵੀ ਵਿਚਾਰਾਂ ਦਾ ਆਦਾਨ-ਪ੍ਰਦਾਨ ਕਰਨ ਦੀ ਉਮੀਦ ਹੈ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਇਜ਼ਰਾਈਲ ਦੇ ਰਾਸ਼ਟਰਪਤੀ ਸ਼੍ਰੀ ਇਸਹਾਕ ਹਰਜ਼ੋਗ ਨਾਲ ਵੀ ਮੁਲਾਕਾਤ ਕਰਨਗੇ।

ਪ੍ਰਧਾਨ ਮੰਤਰੀ ਦਾ ਇਹ ਦੌਰਾ ਦੋਵਾਂ ਦੇਸ਼ਾਂ ਦਰਮਿਆਨ ਡੂੰਘੀ ਅਤੇ ਲੰਬੇ ਸਮੇਂ ਤੋਂ ਚੱਲੀ ਆ ਰਹੀ ਰਣਨੀਤਕ ਭਾਈਵਾਲੀ ਦੀ ਪੁਸ਼ਟੀ ਕਰੇਗਾ ਅਤੇ ਸਾਂਝੀਆਂ ਚੁਣੌਤੀਆਂ ਦੀ ਸਮੀਖਿਆ ਕਰਨ ਦੇ ਨਾਲ-ਨਾਲ ਦੋ ਲਚਕੀਲੇ ਲੋਕਤੰਤਰਾਂ ਦਰਮਿਆਨ ਇੱਕ ਮਜ਼ਬੂਤ ​​ਭਾਈਵਾਲੀ ਦੇ ਸਾਂਝੇ ਦ੍ਰਿਸ਼ਟੀਕੋਣ ਨੂੰ ਪ੍ਰਾਪਤ ਕਰਨ ਲਈ ਯਤਨਾਂ ਨੂੰ ਮੁੜ ਇਕਸਾਰ ਕਰਨ ਦਾ ਮੌਕਾ ਪ੍ਰਦਾਨ ਕਰੇਗਾ।

ਗੈਂਗਸਟਰ ਤੇ ਚਿੱਟਾ ਫੈਲਾਉਣ ਵਾਲੇ ਬਾਦਲ, ਹੁਣ ਅੱਤਵਾਦੀ ਘੋਸ਼ਿਤ ਕਰਨ ਦਾ ਨਾਟਕ ਕਰ ਰਹੇ ਹਨ : ਬਲਤੇਜ ਪੰਨੂ

ਚੰਡੀਗੜ੍ਹ, 25 ਫਰਵਰੀ :

ਆਮ ਆਦਮੀ ਪਾਰਟੀ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਗੈਂਗਸਟਰਾਂ ਤੇ ਨਸ਼ਾ ਤਸਕਰਾਂ ਨੂੰ ਅੱਤਵਾਦੀ ਘੋਸ਼ਿਤ ਕਰਨ ਦੇ ਦਿੱਤੇ ਬਿਆਨ ‘ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਜਿਹੜੇ ਲੋਕਾਂ ਨੇ ਖ਼ੁਦ ਪੰਜਾਬ ਵਿੱਚ ਗੈਂਗਸਟਰਵਾਦ ਅਤੇ ਚਿੱਟੇ ਦਾ ਜ਼ਹਿਰ ਫੈਲਾਇਆ, ਉਹ ਹੁਣ ਸਫ਼ਾਈ ਮੁਹਿੰਮ ਦੀਆਂ ਗੱਲਾਂ ਕਰ ਰਹੇ ਹਨ। ਇਹ ਕਿਸੇ ਵੀ ਤਰ੍ਹਾਂ ਮਨਜ਼ੂਰ ਨਹੀਂ।

ਬਲਤੇਜ ਪੰਨੂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਅੱਜ ਐਲਾਨ ਕਰ ਰਹੇ ਹਨ ਕਿ ਜੇ ਉਨ੍ਹਾਂ ਦੀ ਸਰਕਾਰ ਬਣੀ ਤਾਂ ਉਹ ਪਹਿਲੀ ਕੈਬਨਿਟ ਵਿੱਚ ਹੀ ਗੈਂਗਸਟਰਾਂ ਤੇ ਚਿੱਟੇ ਦੇ ਸੌਦਾਗਰਾਂ ਵਿਰੁੱਧ ਸਖ਼ਤ ਕਾਨੂੰਨ ਲਿਆਉਣਗੇ ਅਤੇ ਉਨ੍ਹਾਂ ਨੂੰ ਅੱਤਵਾਦੀ ਡਿਕਲੇਅਰ ਕਰਨਗੇ। ਪੰਨੂ ਨੇ ਪਲਟਵਾਰ ਕਰਦਿਆਂ ਕਿਹਾ, “ਸੁਖਬੀਰ ਜੀ, ਪਹਿਲਾਂ ਇਹ ਦੱਸੋ ਕਿ ਗੈਂਗਸਟਰ ਕੌਣ ਲੈ ਕੇ ਆਇਆ, ਚਿੱਟਾ ਕੌਣ ਲੈ ਕੇ ਆਇਆ?”

ਆਪ ਆਗੂ ਨੇ ਯਾਦ ਕਰਾਉਂਦਿਆਂ ਕਿਹਾ ਕਿ 2007 ਵਿੱਚ ਅਕਾਲੀ-ਭਾਜਪਾ ਸਰਕਾਰ ਬਣਨ ਤੋਂ ਪਹਿਲਾਂ ਪੰਜਾਬ ਵਿੱਚ ਨਾ ਕੋਈ ਗੈਂਗਸਟਰ ਜਾਣਦਾ ਸੀ, ਨਾ ਚਿੱਟੇ ਦਾ ਕੋਈ ਨਾਮ ਸੁਣਦਾ ਸੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਚਿੱਟੇ ਵਾਲਿਆਂ ਦੇ ਸੰਬੰਧ ਬਾਦਲ ਸਰਕਾਰ ਦੇ ਵੇਲੇ ਗੈਂਗਸਟਰਾਂ ਨਾਲ ਜੁੜੇ, ਕੀ ਸੁਖਬੀਰ ਬਾਦਲ ਉਨ੍ਹਾਂ ਨੂੰ ਵੀ ਅੱਤਵਾਦੀ ਗਰਦਾਨਣ ਦੀ ਹਿੰਮਤ ਰੱਖਦੇ ਹਨ?

ਪੰਨੂ ਨੇ ਤਿੱਖੇ ਵਿਅੰਗ ਨਾਲ ਕਿਹਾ, “ਸੁਖਬੀਰ ਬਾਦਲ ਦਾ ਇਹ ਬਿਆਨ ਬਿਲਕੁਲ ਉਸੇ ਤਰ੍ਹਾਂ ਹੈ ਜਿਵੇਂ ਤਾਲਿਬਾਨ ਕਹੇ ਕਿ ਚਲੋ ਮੋਮਬੱਤੀਆਂ ਲੈ ਕੇ ਸ਼ਾਂਤੀ ਮਾਰਚ ਕੱਢੀਏ।” ਉਨ੍ਹਾਂ ਕਿਹਾ ਕਿ 2007 ਤੋਂ 2017 ਤੱਕ ਦੇ ਦਸ ਸਾਲਾਂ ਵਿੱਚ ਬਾਦਲ ਸਰਕਾਰ ਨੇ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਿਆ ਅਤੇ ਗੈਂਗਸਟਰਵਾਦ ਨੂੰ ਸ਼ਹਿ ਦਿੱਤੀ। ਪੰਜਾਬੀ ਉਹ ਕਾਲਾ ਦੌਰ ਨਹੀਂ ਭੁੱਲੇ।

ਆਪ ਮੀਡੀਆ ਇੰਚਾਰਜ ਨੇ ਕਿਹਾ ਕਿ ਇਸ ਦੇ ਉਲਟ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਅੱਜ ਨਸ਼ਿਆਂ ਵਿਰੁੱਧ ਸੱਚਮੁੱਚ ਜੰਗ ਲੜ ਰਹੀ ਹੈ ਅਤੇ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸ ਰਹੀ ਹੈ। ਪੰਨੂ ਨੇ ਕਿਹਾ, “ਇਸ ਤਰ੍ਹਾਂ ਦੀ ਜੰਗ ਲੜਨ ਲਈ ਵਿੱਲ ਪਾਵਰ ਚਾਹੀਦੀ ਹੈ। ਜੋ ਬਾਦਲ ਸਰਕਾਰ ਕੋਲ ਕਦੇ ਸੀ ਹੀ ਨਹੀਂ। ਇਸੇ ਲਈ ਉਨ੍ਹਾਂ ਨੇ ਪੰਜਾਬ ਨੂੰ ਤਬਾਹੀ ਦੇ ਮੂੰਹ ਵਿੱਚ ਪਾਇਆ।”

ਪੰਜਾਬ

ਦੇਸ਼