ਚੰਡੀਗੜ੍ਹ, 29 ਮਈ, 2026, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :
ਪੰਜਾਬ ਵਿੱਚ ਹਾਲ ਹੀ ਵਿੱਚ ਹੋਈਆਂ ਨਗਰ ਨਿਗਮ/ਨਗਰ ਕੌਂਸਲ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਵੱਲੋਂ ਦਰਜ ਕੀਤੀ ਗਈ ਵੱਡੀ ਅਤੇ ਸ਼ਾਨਦਾਰ ਜਿੱਤ ‘ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਸਮੂਹ ਪੰਜਾਬੀਆਂ, ਜੇਤੂ ਉਮੀਦਵਾਰਾਂ ਅਤੇ ਪਾਰਟੀ ਵਰਕਰਾਂ ਨੂੰ ਦਿਲੋਂ ਮੁਬਾਰਕਬਾਦ ਦਿੱਤੀ ਹੈ।
ਸ. ਹਰਚੰਦ ਸਿੰਘ ਬਰਸਟ ਨੇ ਵਿਸ਼ੇਸ਼ ਤੌਰ ‘ਤੇ ਸਮਾਣਾ ਦੇ ਸਮੂਹ ਜੇਤੂ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਜਿੱਤ ਆਮ ਲੋਕਾਂ ਦੀ ਜਿੱਤ ਹੈ ਅਤੇ ਪੰਜਾਬ ਦੇ ਲੋਕਾਂ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਉਹ ਵਿਕਾਸ, ਪਾਰਦਰਸ਼ੀ ਪ੍ਰਸ਼ਾਸਨ ਅਤੇ ਇਮਾਨਦਾਰ ਰਾਜਨੀਤੀ ਦੇ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ-ਹਿਤੈਸ਼ੀ ਕੰਮਾਂ ‘ਤੇ ਲੋਕਾਂ ਨੇ ਮੋਹਰ ਲਗਾਈ ਹੈ।
ਸੂਬਾ ਜਨਰਲ ਸਕੱਤਰ ਨੇ ਸਮਾਣਾ ਦੇ ਸਾਰੇ ਜੇਤੂਆਂ ਨੂੰ ਅਪੀਲ ਕੀਤੀ ਕਿ ਉਹ ਹੁਣ ਬਿਨਾਂ ਕਿਸੇ ਦੇਰੀ ਦੇ ਹਲਕੇ ਦੇ ਵਿਕਾਸ ਕਾਰਜਾਂ ਵਿੱਚ ਵੱਧ-ਚੜ੍ਹ ਕੇ ਜੁੱਟ ਜਾਣ। ਜਿਨ੍ਹਾਂ ਉਮੀਦਾਂ ਨਾਲ ਸਮਾਣਾ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਇਹ ਵੱਡੀ ਜਿੱਤ ਦਵਾਈ ਹੈ, ਸਾਨੂੰ ਉਨ੍ਹਾਂ ਉਮੀਦਾਂ ‘ਤੇ ਖ਼ਰਾ ਉਤਰਨਾ ਪਵੇਗਾ।
ਸ. ਬਰਸਟ ਨੇ ਸਮਾਣਾ ਵਾਸੀਆਂ ਨੂੰ ਵਿਸ਼ਵਾਸ ਦਵਾਇਆ ਕਿ ਸ਼ਹਿਰ ਦੇ ਵਿਕਾਸ ਨੂੰ ਨਵੀਂ ਗਤੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਮਾਣਾ ਦੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਪਹਿਲ ਦੇ ਅਧਾਰ ‘ਤੇ ਕੀਤਾ ਜਾਵੇਗਾ। ਸ਼ਹਿਰ ਅੰਦਰ ਟਰੈਫਿਕ, ਟੁੱਟੀਆਂ ਸੜਕਾਂ ਦੀ ਮੁਰੰਮਤ, ਗਲੀਆਂ-ਨਾਲੀਆਂ ਦੀ ਮੁਰੰਮਤ, ਸੀਵਰੇਜ ਪ੍ਰਣਾਲੀ ਵਿੱਚ ਸੁਧਾਰ, ਪੀਣ ਵਾਲੇ ਸਾਫ਼ ਪਾਣੀ, ਨਵੇਂ ਪਾਰਕਾਂ ਦੀ ਉਸਾਰੀ ਸਮੇਤ ਸ਼ੈਡ, ਪਬਲਿਕ ਟਾਇਲਟਸ ਸਮੇਤ ਬੁਨਿਆਦੀ ਸਹੂਲਤਾਂ ਜਲਦ ਤੋਂ ਜਲਦ ਮੁਹੱਈਆ ਕਰਵਾਈਆਂ ਜਾਣਗੀਆਂ, ਤਾਂ ਜੋ ਸਥਾਨਕ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਸ਼ਹਿਰਾਂ ਅਤੇ ਪਿੰਡਾਂ ਦਾ ਵਿਕਾਸ ਕਰਨ ਲਈ ਵਚਨਬੱਧ ਹੈ। ਸਮਾਣਾ ਸ਼ਹਿਰ ਦੀ ਨੁਹਾਰ ਬਦਲਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਵਿਕਾਸ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।













