ਸਾਹਿਬਜ਼ਾਦਾ ਅਜੀਤ ਸਿੰਘ ਨਗਰ, 1 ਜੁਲਾਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਚਲਾਏ ਜਾ ਰਹੇ ਵਿਕਾਸ ਕਾਰਜਾਂ ਤਹਿਤ ਅੱਜ ਪਿੰਡ ਝਾਮਪੁਰ ਵਿਖੇ ਛੱਪੜ ਦੇ ਓਵਰਫਲੋ ਪਾਣੀ ਦੀ ਨਿਕਾਸੀ ਲਈ ਪਾਈਪ ਲਾਈਨ ਵਿਛਾਉਣ ਦੇ ਕੰਮ ਦੀ ਸ਼ੁਰੂਆਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਕਰਵਾਈ ਗਈ।

ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਬਰਸਾਤਾਂ ਦੌਰਾਨ ਛੱਪੜ ਦੇ ਭਰ ਜਾਣ ਕਾਰਨ ਪਾਣੀ ਖੇਤਾਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਦਾਖਲ ਹੋ ਜਾਂਦਾ ਸੀ, ਜਿਸ ਨਾਲ ਪਿੰਡ ਵਾਸੀਆਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਇਸ ਸਮੱਸਿਆ ਦੇ ਸਥਾਈ ਹੱਲ ਲਈ 1900 ਫੁੱਟ ਲੰਬੀ ਅਤੇ 18 ਇੰਚ ਵਿਆਸ ਵਾਲੀ ਪਾਈਪ ਲਾਈਨ ਵਿਛਾਈ ਜਾ ਰਹੀ ਹੈ, ਜਿਸ ‘ਤੇ ਕਰੀਬ 16 ਲੱਖ ਰੁਪਏ ਦੀ ਲਾਗਤ ਆਵੇਗੀ।

ਉਨ੍ਹਾਂ ਕਿਹਾ ਕਿ ਪਿੰਡ ਵਿੱਚ ਗੰਦੇ ਪਾਣੀ ਦੀ ਨਿਕਾਸੀ ਸਬੰਧੀ ਕੰਮ ਵੀ ਜਾਰੀ ਹੈ ਅਤੇ ਗਲੀਆਂ-ਨਾਲੀਆਂ ਦੇ ਵਿਕਾਸ ਲਈ ਜਲਦ ਹੀ ਕਰੀਬ 10 ਲੱਖ ਰੁਪਏ ਦੀ ਗ੍ਰਾਂਟ ਪੰਚਾਇਤ ਨੂੰ ਜਾਰੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਦੇ ਸਮੇਂ ਸਿਰ ਹੱਲ ਲਈ ਵਚਨਬੱਧ ਹੈ ਅਤੇ ਸੂਬੇ ਭਰ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ।

ਵਿਧਾਇਕ ਨੇ ਕਿਹਾ ਕਿ ਸਰਕਾਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਨਾਲ ਜੋੜਨ ਲਈ ਆਧੁਨਿਕ ਖੇਡ ਸਟੇਡੀਅਮਾਂ ਦੀ ਉਸਾਰੀ ਅਤੇ ਖਿਡਾਰੀਆਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾ ਰਹੀ ਹੈ। ਮੋਹਾਲੀ ਹਲਕੇ ਵਿੱਚ ਵੀ ਕਈ ਖੇਡ ਸਟੇਡੀਅਮ ਮੁਕੰਮਲ ਹੋ ਚੁੱਕੇ ਹਨ ਅਤੇ ਕਈਆਂ ਦਾ ਕੰਮ ਅੰਤਿਮ ਪੜਾਅ ਵਿੱਚ ਹੈ।

ਇਸ ਮੌਕੇ ਹਰਪ੍ਰੀਤ ਕੌਰ, ਮਲਕੀਤ ਸਿੰਘ, ਅਵਤਾਰ ਸਿੰਘ, ਧਨਵੰਤ ਸਿੰਘ ਰੰਧਾਵਾ (ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ), ਆਰ.ਪੀ. ਸ਼ਰਮਾ (ਸੀਨੀਅਰ ਡਿਪਟੀ ਮੇਅਰ), ਹਰਪਾਲ ਸਿੰਘ ਚੰਨਾ (ਡਿਪਟੀ ਮੇਅਰ), ਕੌਂਸਲਰ ਗੁਰਮੀਤ ਕੌਰ, ਰਣਜੀਤ ਕੌਰ, ਲਾਡੀ, ਕੁਲਵਿੰਦਰ ਸਿੰਘ, ਹਮੀਦ ਨੇਹਾ, ਬਜਾਜ ਅਤੇ ਗ੍ਰਾਮ ਪੰਚਾਇਤ ਦੇ ਮੈਂਬਰਾਂ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।

Spread the love