ਚੰਡੀਗੜ੍ਹ, 16 ਅਪ੍ਰੈਲ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਅਸਾਮ ਦੀ ਡਿਬਰੂਗੜ੍ਹ ਜੇਲ੍ਹ ‘’ਚ ਬੰਦ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਪੰਜਾਬ ਸਰਕਾਰ ਨੇ ਪਟੀਸ਼ਨ ਦਾਇਰ ਕਰਕੇ ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਦੀ ਜੇਲ੍ਹ ਵਿੱਚ ਹੀ ਰੱਖਣ ਦੀ ਮੰਗ ਕੀਤੀ ਹੈ। ਕਿਹਾ ਗਿਆ ਹੈ, ਜੇ ਐਨਐਸਏ ਖਤਮ ਵੀ ਹੋ ਜਾਵੇ ਤਾਂ ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਜੇਲ੍ਹ ’ਚ ਹੀ ਰੱਖਿਆ ਜਾਵੇ। ਸਰਕਾਰ ਵੱਲੋਂ ਕਿਹਾ ਗਿਆ ਹੈ ਕਿ ਜੇਕਰ ਪੰਜਾਬ ਲਿਆਂਦਾ ਗਿਆ ਤਾਂ ਕਾਨੂੰਨ ਵਿਵਸਥਾ ਵਿਗੜ ਸਕਦੀ ਹੈ। ਸਰਕਾਰੀ ਵਕੀਲ ਵੱਲੋਂ ਹਾਈਕੋਰਟ ਵਿੱਚ ਕਿਹਾ ਗਿਆ ਕਿ ਅੰਮ੍ਰਿਤਪਾਲ ਸਿੰਘ ਦੀ ਐਨਐਸਏ ਤਹਿਤ ਨਜ਼ਰਬੰਦੀ ਦੀ ਮਿਆਦ 23 ਅਪ੍ਰੈਲ ਨੂੰ ਖਤਮ ਹੋ ਰਹੀ ਹੈ। ਖੁਫ਼ੀਆ ਜਾਣਕਾਰੀ ਅਤੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਸਰਕਾਰ ਨੇ ਕਿਹਾ ਕਿ ਅਸੀਂ ਉਸ ਨੂੰ ਪੰਜਾਬ ਨਹੀਂ ਲਿਆਉਣਾ ਚਾਹੁੰਦੇ। ਅਸੀਂ ਚਾਹੁੰਦੇ ਹਾਂ ਕਿ ਉਹ ਅਸਾਮ ਵਿੱਚ ਰਹਿਣ ਅਤੇ ਕੇਸ ਦੀ ਸੁਣਵਾਈ ਵੀਡੀਓ ਕਾਨਫਰੰਸਿੰਗ ਦੇ ਰਾਹੀਂ ਕੀਤੀ ਜਾਵੇ।

ਸਰਕਾਰ ਵੱਲੋਂ ਅਦਾਲਤ ਵਿੱਚ ਇਹ ਵੀ ਦੱਸਿਆ ਕਿ ਇਹ ਕਦਮ ਸੂਬੇ ਦੇ ਹਿੱਤ ਵਿੱਚ ਹੈ ਅਤੇ ਅਸਾਮ ਸਰਕਾਰ ਨੇ ਇਸ ਉਤੇ ਆਪਣੀ ਸਹਿਮਤੀ ਵੀ ਦੇ ਦਿੱਤੀ ਹੈ।

ਦੱਸਣਯੋਗ ਹੈ ਕਿ ਅਪ੍ਰੈਲ 2023 ਤੋਂ ਅੰਮ੍ਰਿਤਪਾਲ ਸਿੰਘ ਅਸਾਮ ਦੀ ਡਿਬਰੂਗੜ੍ਹ ਸੈਂਟਰਲ ਜੇਲ੍ਹ ਵਿੱਚ ਬੰਦ ਹਨ। ਜੇਲ੍ਹ ਵਿੱਚ ਰਹਿੰਦੇ ਹੋਏ ਹੀ ਉਹ ਲੋਕ ਸਭਾ ਦੀਆਂ ਚੋਣਾਂ ਜਿੱਤੇ ਹਨ।

Spread the love