ਜੰਡਿਆਲਾ ਗੁਰੂ/ਅੰਮ੍ਰਿਤਸਰ, 14 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੇ ਆਰਥਿਕ ਸਸ਼ਕਤੀਕਰਨ ਅਤੇ ਸਮਾਜਿਕ ਸਨਮਾਨ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ `ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ` ਨੂੰ ਜ਼ਮੀਨੀ ਪੱਧਰ `ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਅੱਜ ਦੂਸਰੇ ਦਿਨ ਵੀ ਜੰਡਿਆਲਾ ਗੁਰੂ ਦੇ ਇੰਦਰ ਫਾਰਮ ਵਿੱਚ ਮਹਿਲਾ ਸਤਿਕਾਰ ਸਖੀਆਂ ਲਈ ਵਿਸ਼ੇਸ਼ ਟ੍ਰੇਨਿੰਗ ਸੈਸ਼ਨ ਕਰਵਾਇਆ ਗਿਆ। ਇਸ ਟ੍ਰੇਨਿੰਗ ਦੌਰਾਨ ਸਖੀਆਂ ਨੂੰ ਯੋਜਨਾ ਦੀਆਂ ਹਦਾਇਤਾਂ, ਯੋਗਤਾ ਮਾਪਦੰਡਾਂ, ਅਰਜ਼ੀ ਪ੍ਰਕਿਰਿਆ ਅਤੇ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਟ੍ਰੇਨਿੰਗ ਦੇ ਪਹਿਲੇ ਦਿਨ ਕੱਲ 13 ਜੂਨ ਨੂੰ ਜੰਡਿਆਲਾ ਗੁਰੂ ਵਿਧਾਨ ਸਭਾ ਹਲਕੇ ਦੇ 110 ਬੂਥਾਂ ਨਾਲ ਸਬੰਧਤ ਮਹਿਲਾ ਸਤਿਕਾਰ ਸਖੀਆਂ ਨੂੰ ਕਵਰ ਕੀਤਾ ਗਿਆ ਸੀ, ਜਦਕਿ ਅੱਜ ਬਾਕੀ ਰਹਿੰਦੇ 106 ਬੂਥਾਂ ਦੀਆਂ ਸਖੀਆਂ ਨੂੰ ਟ੍ਰੇਨਿੰਗ ਦਿੱਤੀ ਗਈ ਹੈ।

ਇਸ ਮੌਕੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ੍ਰੀ ਹਰਭਜਨ ਸਿੰਘ ਈ.ਟੀ.ਓ. ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਟਰੇਨਿੰਗ ਹਾਸਲ ਕਰ ਰਹੀਆਂ ਸਖੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਮਹਿਲਾਵਾਂ ਦੀ ਆਰਥਿਕ ਮਜ਼ਬੂਤੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸੇ ਉਦੇਸ਼ ਨਾਲ ਇਹ ਇਤਿਹਾਸਕ ਯੋਜਨਾ ਸ਼ੁਰੂ ਕੀਤੀ ਗਈ ਹੈ।

ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਇਸ ਯੋਜਨਾ ਤਹਿਤ ਯੋਗ ਆਮ ਵਰਗ ਦੀਆਂ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀ (ਐਸ.ਸੀ.) ਨਾਲ ਸਬੰਧਤ ਯੋਗ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਦੇ ਤਹਿਤ ਆਰਥਿਕ ਸਹਾਇਤਾ ਦੀ ਸ਼ੁਰੂਆਤ 1 ਜੁਲਾਈ 2026 ਤੋਂ ਕੀਤੀ ਜਾਵੇਗੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਯੋਜਨਾ ਨੂੰ ਸਫਲ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਵੱਡੀ ਗਿਣਤੀ ਵਿੱਚ ਮਹਿਲਾਵਾਂ ਨੇ ਲੋਕ ਸੇਵਾ ਲਈ ਮਹਿਲਾ ਸਤਿਕਾਰ ਸਖੀ ਵਜੋਂ ਆਪਣੀਆਂ ਸੇਵਾਵਾਂ ਦੇਣ ਦੀ ਇੱਛਾ ਪ੍ਰਗਟਾਈ ਸੀ, ਜਿਸ ਦੇ ਮੱਦੇਨਜ਼ਰ ਉਨ੍ਹਾਂ ਨੂੰ ਯੋਜਨਾ ਦੇ ਹਰ ਪਹਿਲੂ ਬਾਰੇ ਤਕਨੀਕੀ ਅਤੇ ਪ੍ਰਯੋਗਿਕ ਸਿਖਲਾਈ ਦਿੱਤੀ ਜਾ ਰਹੀ ਹੈ।

ਟ੍ਰੇਨਿੰਗ ਦੌਰਾਨ ਮਾਸਟਰ ਟ੍ਰੇਨਰਾਂ ਅਤੇ ਸੁਪਰਵਾਈਜ਼ਰਾਂ ਵੱਲੋਂ ਮਹਿਲਾ ਸਤਿਕਾਰ ਸਖੀਆਂ ਨੂੰ ਫਾਰਮ ਭਰਨ ਦੀ ਪ੍ਰਕਿਰਿਆ, ਯੋਗਤਾ ਦੀਆਂ ਸ਼ਰਤਾਂ, ਲੋੜੀਂਦੇ ਦਸਤਾਵੇਜ਼ਾਂ, ਲਾਭਪਾਤਰੀਆਂ ਦੀ ਪਛਾਣ ਅਤੇ ਰਜਿਸਟ੍ਰੇਸ਼ਨ ਪ੍ਰਕਿਰਿਆ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ। ਸਖੀਆਂ ਨੂੰ ਇਹ ਵੀ ਦੱਸਿਆ ਗਿਆ ਕਿ ਉਹ ਆਪਣੇ-ਆਪਣੇ ਖੇਤਰਾਂ ਵਿੱਚ ਘਰ-ਘਰ ਜਾ ਕੇ ਯੋਗ ਮਹਿਲਾਵਾਂ ਤੱਕ ਯੋਜਨਾ ਦੀ ਜਾਣਕਾਰੀ ਪਹੁੰਚਾਉਣ ਅਤੇ ਉਨ੍ਹਾਂ ਨੂੰ ਯੋਜਨਾ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਣ।

ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਅਤੇ ਗਾਰੰਟੀਆਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਸਰਕਾਰ ਦੀਆਂ ਮਹੱਤਵਪੂਰਨ ਗਾਰੰਟੀਆਂ ਵਿੱਚੋਂ ਇੱਕ ਸੀ, ਜਿਸ ਨੂੰ ਹੁਣ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ। ਇਸ ਯੋਜਨਾ ਨਾਲ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ ਵੱਡਾ ਸਹਾਰਾ ਮਿਲੇਗਾ ਅਤੇ ਉਹ ਆਪਣੇ ਪਰਿਵਾਰਾਂ ਦੀ ਆਰਥਿਕ ਮਜ਼ਬੂਤੀ ਵਿੱਚ ਹੋਰ ਪ੍ਰਭਾਵਸ਼ਾਲੀ ਯੋਗਦਾਨ ਪਾ ਸਕਣਗੀਆਂ।

ਉਨ੍ਹਾਂ ਮਹਿਲਾ ਸਤਿਕਾਰ ਸਖੀਆਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਤਨਦੇਹੀ, ਜ਼ਿੰਮੇਵਾਰੀ ਅਤੇ ਸਮਰਪਣ ਨਾਲ ਕੰਮ ਕਰਦੇ ਹੋਏ ਯੋਜਨਾ ਦਾ ਲਾਭ ਹਰ ਯੋਗ ਮਹਿਲਾ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ। ਇਸ ਮੌਕੇ ਵਿਭਾਗ ਦੇ ਅਧਿਕਾਰੀ, ਮਾਸਟਰ ਟ੍ਰੇਨਰ, ਸੁਪਰਵਾਈਜ਼ਰ, ਮਹਿਲਾ ਸਤਿਕਾਰ ਸਖੀਆਂ ਅਤੇ ਵੱਡੀ ਗਿਣਤੀ ਵਿੱਚ ਮਹਿਲਾਵਾਂ ਹਾਜ਼ਰ ਸਨ।

Spread the love