ਗੁਰਦਾਸਪੁਰ, 3 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਗੁਰਦਾਸਪੁਰ ਜ਼ਿਲ੍ਹੇ ਦੇ ਕਸਬਾ ਕਲਾਨੌਰ ਸਥਿਤ ਮੁਲਤਾਨੀ ਹਸਪਤਾਲ ‘ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਘਟਨਾ ਤੋਂ ਸਿਰਫ਼ ਛੇ ਘੰਟਿਆਂ ਦੇ ਅੰਦਰ-ਅੰਦਰ ਮਾਮਲਾ ਸੁਲਝਾਉਂਦੇ ਹੋਏ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮਿਲੀ ਜਾਣਕਾਰੀ ਅਨੁਸਾਰ ਅਣਪਛਾਤੇ ਹਮਲਾਵਰਾਂ ਨੇ ਅੱਜ ਸਵੇਰੇ ਕਲਾਨੌਰ ਦੇ ਨਿੱਜੀ ਮੁਲਤਾਨੀ ਹਸਪਤਾਲ ‘ਤੇ ਗ੍ਰਨੇਡ ਨਾਲ ਹਮਲਾ ਕੀਤਾ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਹਸਪਤਾਲ ਦੀਆਂ ਖਿੜਕੀਆਂ ਅਤੇ ਦਰਵਾਜ਼ਿਆਂ ਦੇ ਸ਼ੀਸ਼ੇ ਟੁੱਟ ਗਏ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਲੋਕਾਂ ਵਿੱਚ ਹਫੜਾ-ਦਫੜੀ ਮਚ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਗੁਰਦਾਸਪੁਰ ਪੁਲਿਸ ਅਤੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਜਾਂਚ ਸ਼ੁਰੂ ਕਰ ਦਿੱਤੀ। ਤਕਨੀਕੀ ਅਤੇ ਹਿਊਮਨ ਇੰਟੈਲੀਜੈਂਸ ਇਨਪੁਟਸ ਦੇ ਆਧਾਰ ‘ਤੇ ਤੇਜ਼ ਕਾਰਵਾਈ ਕਰਦਿਆਂ ਪੁਲਿਸ ਨੇ ਹਮਲੇ ਦੇ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ। ਦੱਸ ਦਈਏ ਕਿ ਗੁਰਦਾਸਪੁਰ ਦੇ ਕਸਬਾ  ਕਲਾਨੌਰ ਦੇ ਬੱਸ ਸਟੈਂਡ ਨੇੜੇ ਇੱਕ ਨਿੱਜੀ ਹਸਪਤਾਲ ਦੀ ਐਮਜੈਂਸੀ ਵਾਰਡ ‘ਚ ਬਾਅਦ ਦੁਪਹਿਰ ਧਮਾਕਾ ਹੋਣ ਦੀ ਖਬਰ ਸਾਹਮਣੇ ਆਈ ਸੀ । ਨੇੜੇ ਦੇ ਦੁਕਾਨਦਾਰਾਂ ਦੱਸਿਆ ਕਿ ਧਮਾਕੇ ਦੀ ਆਵਾਜ਼ ਬਹੁਤ ਜਿਆਦਾ ਸੀ ਜੋ ਦੂਰ ਦੂਰ ਤੱਕ ਸੁਣਾਈ ਦਿੱਤੀ। ਘਟਨਾ ਤੋਂ ਤੁਰੰਤ ਬਾਅਦ ਮੌਕੇ ‘ਤੇ ਅਫੜਾ-ਤਫੜੀ ਦਾ ਮਾਹੌਲ ਬਣ ਗਿਆ ਸੀ ।

Spread the love