ਚੰਡੀਗੜ੍ਹ, 7 ਫਰਵਰੀ

ਪੰਜਾਬ ਵਿੱਚ ਕਰੋਨਾ ਦੀ ਲਾਗ ਵਿੱਚ ਕਮੀ ਆਉਣ ਤੋਂ ਬਾਅਦ ਸੋਮਵਾਰ ਤੋਂ ਸਕੂਲ, ਕਾਲਜ ਅਤੇ ਕੋਚਿੰਗ ਸੈਂਟਰ ਖੋਲ੍ਹ ਦਿੱਤੇ ਗਏ ਹਨ। ਹਾਲਾਂਕਿ 5ਵੀਂ ਜਮਾਤ ਤੱਕ ਦੇ ਸਕੂਲ ਬੰਦ ਰਹਿਣਗੇ। ਇਨ੍ਹਾਂ ਕਲਾਸਾਂ ਵਿੱਚ ਆਨਲਾਈਨ ਪੜ੍ਹਾਈ ਜਾਰੀ ਰਹੇਗੀ। ਸਰਕਾਰ ਨੇ ਹਦਾਇਤ ਕੀਤੀ ਹੈ ਕਿ ਸਕੂਲ ਆਉਣ ਵਾਲੇ 15 ਸਾਲ ਤੋਂ ਵੱਧ ਉਮਰ ਦੇ ਵਿਦਿਆਰਥੀਆਂ ਦਾ ਟੀਕਾਕਰਨ ਲਾਜ਼ਮੀ ਹੈ।

ਸਰਕਾਰ ਵੱਲੋਂ ਐਤਵਾਰ ਨੂੰ ਜਾਰੀ ਹੁਕਮਾਂ ਵਿੱਚ ਸੂਬੇ ਵਿੱਚ ਯੂਨੀਵਰਸਿਟੀਆਂ, ਕਾਲਜ, ਕੋਚਿੰਗ ਸੈਂਟਰ, ਲਾਇਬ੍ਰੇਰੀਆਂ ਅਤੇ ਸਿਖਲਾਈ ਸੰਸਥਾਵਾਂ ਨੂੰ ਖੋਲ੍ਹਣ ਲਈ ਕਿਹਾ ਗਿਆ ਹੈ। ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਕੋਈ ਵਿਦਿਆਰਥੀ ਆਉਣ ਦਾ ਇੱਛੁਕ ਨਹੀਂ ਹੈ ਤਾਂ ਉਹ ਆਨਲਾਈਨ ਵੀ ਪੜ੍ਹਾਈ ਕਰ ਸਕਦਾ ਹੈ।

ਪੰਜਾਬ ਸਰਕਾਰ ਵੱਲੋਂ ਕਿਹਾ ਗਿਆ ਹੈ ਕਿ ਸੂਬੇ ਵਿੱਚ ਦਾਖਲ ਹੋਣ ਵਾਲੇ ਹਰੇਕ ਵਿਅਕਤੀ ਲਈ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲੈਣੀਆਂ ਲਾਜ਼ਮੀ ਹਨ। ਜੇਕਰ ਟੀਕਾਕਰਨ ਨਹੀਂ ਕਰਵਾਇਆ ਗਿਆ ਤਾਂ ਪੰਜਾਬ ਵਿੱਚ ਦਾਖ਼ਲ ਹੋਣ ਲਈ ਰੈਪਿਡ ਟੈਸਟ ਲਾਜ਼ਮੀ ਹੈ। ਜੇਕਰ ਪੰਜਾਬ ਆਉਣ ਵਾਲੇ ਕਿਸੇ ਵਿਅਕਤੀ ਦਾ ਟੀਕਾਕਰਨ ਨਹੀਂ ਕੀਤਾ ਗਿਆ ਹੈ, ਤਾਂ 72 ਘੰਟਿਆਂ ਦੇ ਅੰਦਰ-ਅੰਦਰ ਕੋਰੋਨਾ ਦੀ ਲਾਗ ਦੀ ਰੈਪਿਡ ਟੈਸਟ ਜਾਂ ਨੈਗੇਟਿਵ ਰਿਪੋਰਟ ਆਉਣੀ ਜ਼ਰੂਰੀ ਹੈ।

ਸਰਕਾਰ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਵਿੱਚ ਬਾਰ ਅਤੇ ਮਾਲ 75 ਫੀਸਦੀ ਸਮਰੱਥਾ ਨਾਲ ਖੋਲ੍ਹੇ ਜਾ ਸਕਣਗੇ। ਸਿਨੇਮਾ ਹਾਲ, ਮਲਟੀਪਲੈਕਸ, ਰੈਸਟੋਰੈਂਟ, ਸਪਾ, ਜਿੰਮ, ਸਪੋਰਟਸ ਕੰਪਲੈਕਸ, ਅਜਾਇਬ ਘਰ ਆਦਿ ਵੀ 75 ਫੀਸਦੀ ਸਮਰੱਥਾ ਨਾਲ ਖੋਲ੍ਹੇ ਜਾ ਸਕਣਗੇ। ਇਨ੍ਹਾਂ ਵਿੱਚ ਕੰਮ ਕਰਨ ਵਾਲੇ ਕਰਮਚਾਰੀਆਂ ਲਈ ਪੂਰਾ ਟੀਕਾਕਰਨ ਲਾਜ਼ਮੀ ਹੋਵੇਗਾ। ਏਅਰ ਕੰਡੀਸ਼ਨਡ ਬੱਸਾਂ 50 ਫੀਸਦੀ ਸਮਰੱਥਾ ਨਾਲ ਚੱਲ ਸਕਣਗੀਆਂ।

Spread the love