ਅੰਮ੍ਰਿਤਸਰ, 12 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੋਲਡਨ ਜੁਬਲੀ ਕਨਵੈਂਸ਼ਨ ਸੈਂਟਰ, ਗੁਰੂ ਨਾਨਕ ਭਵਨ ਵਿਖੇ ਪੰਜਾਬ ਸਰਕਾਰ ਵੱਲੋਂ ਗੁਰੂ ਰਵੀਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿੱਚ ਮੁੱਖ ਮਹਿਮਾਨ ਵਜੋਂ ਮਨੀਸ਼ ਸਿਸੋਦੀਆ, ਵਿਸ਼ੇਸ਼ ਮਹਿਮਾਨ ਵਜੋਂ ਹਰਪਾਲ ਸਿੰਘ ਚੀਮਾ ਅਤੇ ਲਾਲ ਚੰਦ ਕਟਾਰੁ ਚਕ ਨੇ ਸ਼ਿਰਕਤ ਕੀਤੀ। ਸਮਾਗਮ ਦੌਰਾਨ ਗੁਰੂ ਰਵਿਦਾਸ ਜੀ ਦੀ ਬਾਣੀ, ਫ਼ਲਸਫ਼ੇ ਅਤੇ ਮਨੁੱਖਤਾ ਲਈ ਦਿੱਤੇ ਸੰਦੇਸ਼ਾਂ ‘ਤੇ ਵਿਸਥਾਰ ਨਾਲ ਚਰਚਾ ਕੀਤੀ ਗਈ।
ਮੀਡੀਆ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲਾਂ ਹੀ ਫ਼ੈਸਲਾ ਕੀਤਾ ਸੀ ਕਿ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਬੜੇ ਸਨਮਾਨ ਅਤੇ ਸ਼ਰਧਾ ਨਾਲ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮੌਕੇ ਲਈ ਸਮਾਜ ਦੇ ਚਿੰਤਕਾਂ, ਸੰਤ ਮਹਾਂਪੁਰਸ਼ਾਂ ਅਤੇ ਵਿਦਵਾਨਾਂ ਨੂੰ ਨਾਲ ਲੈ ਕੇ ਇੱਕ ਵਿਸ਼ੇਸ਼ ਕਮੇਟੀ ਬਣਾਈ ਗਈ ਸੀ। ਇਸ ਕਮੇਟੀ ਵੱਲੋਂ ਫ਼ੈਸਲਾ ਕੀਤਾ ਗਿਆ ਕਿ ਪੰਜਾਬ ਦੀਆਂ ਸਾਰੀਆਂ ਯੂਨੀਵਰਸਿਟੀਆਂ ਵਿੱਚ ਸੈਮੀਨਾਰ, ਸਕੂਲਾਂ ਵਿੱਚ ਲੇਖ ਮੁਕਾਬਲੇ, ਪਿੰਡਾਂ ਵਿੱਚ ਡਰੋਨ ਸ਼ੋਅ ਅਤੇ ਸ਼ਹਿਰਾਂ ਵਿੱਚ ਕੀਰਤਨ ਦਰਬਾਰ ਲਗਾਏ ਜਾਣਗੇ।
ਚੀਮਾ ਨੇ ਕਿਹਾ ਕਿ ਇਸੇ ਲੜੀ ਤਹਿਤ ਅੱਜ ਅੰਮ੍ਰਿਤਸਰ ਵਿੱਚ ਇਹ ਸੈਮੀਨਾਰ ਕਰਵਾਇਆ ਗਿਆ, ਜਿਸ ਵਿੱਚ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਸਾਬਕਾ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਵਿਧਾਇਕ ਜਸਵਿੰਦਰ ਸਿੰਘ ਅਮਦਾਦ, ਦੀਪਕ ਬਾਲੀ ਅਤੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਸਮੇਤ ਕਈ ਪ੍ਰਮੁੱਖ ਹਸਤੀਆਂ ਨੇ ਆਪਣੇ ਵਿਚਾਰ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਹੀ ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਅਤੇ ਬਲੀਦਾਨ ਦਿਵਸ ਪੂਰੇ ਆਦਰ-ਸਤਿਕਾਰ ਨਾਲ ਮਨਾਉਂਦੀ ਆ ਰਹੀ ਹੈ।
ਇਸ ਦੌਰਾਨ ਹਰਪਾਲ ਸਿੰਘ ਚੀਮਾ ਨੇ ਕੇਂਦਰ ਦੀ ਭਾਜਪਾ ਸਰਕਾਰ ‘ਤੇ ਵੀ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਰਥਿਕਤਾ ਅਤੇ ਵਿਦੇਸ਼ ਨੀਤੀ ਪੂਰੀ ਤਰ੍ਹਾਂ ਫੇਲ ਹੋ ਚੁੱਕੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਦੇਸ਼ ਦੀਆਂ ਨੀਤੀਆਂ ਹੁਣ ਹੋਰ ਦੇਸ਼ਾਂ ਦੇ ਦਬਾਅ ਹੇਠ ਚੱਲ ਰਹੀਆਂ ਹਨ ਅਤੇ ਮਹਿੰਗਾਈ ਲਗਾਤਾਰ ਵੱਧ ਰਹੀ ਹੈ। ਉਨ੍ਹਾਂ ਕਿਹਾ ਕਿ “ਵਿਸ਼ਵ ਗੁਰੂ” ਬਣਨ ਦੇ ਦਾਅਵੇ ਕਰਨ ਵਾਲੀ ਕੇਂਦਰ ਸਰਕਾਰ ਅੱਜ ਆਪਣੀ ਪ੍ਰਭੂਸੱਤਾ ਬਚਾਉਣ ਵਿੱਚ ਵੀ ਅਸਫਲ ਦਿਖਾਈ ਦੇ ਰਹੀ ਹੈ।
ਸੀਬੀਆਈ ਰੇਡ ਅਤੇ ਭਾਜਪਾ ਦਫ਼ਤਰਾਂ ਦੇ ਬਾਹਰ ਹੋ ਰਹੇ ਰੋਸ ਪ੍ਰਦਰਸ਼ਨਾਂ ਬਾਰੇ ਪੁੱਛੇ ਗਏ ਸਵਾਲ ‘ਤੇ ਚੀਮਾ ਨੇ ਕਿਹਾ ਕਿ ਇਹ ਭਾਜਪਾ ‘ਤੇ ਹਮਲੇ ਨਹੀਂ, ਸਗੋਂ ਕੇਂਦਰ ਸਰਕਾਰ ਵੱਲੋਂ ਵਿਰੋਧੀ ਪਾਰਟੀਆਂ ‘ਤੇ ਕੇਂਦਰੀ ਏਜੰਸੀਆਂ ਦੇ ਦੁਰਵਰਤੋਂ ਖ਼ਿਲਾਫ਼ ਲੋਕਾਂ ਦਾ ਗੁੱਸਾ ਹੈ। ਉਨ੍ਹਾਂ ਕਿਹਾ ਕਿ ਸੀਬੀਆਈ ਦਫ਼ਤਰ ਵਿੱਚ ਹੋਈ ਰੇਡ ਦੌਰਾਨ ਕੋਈ ਸਰਕਾਰੀ ਅਧਿਕਾਰੀ ਨਹੀਂ ਫੜਿਆ ਗਿਆ, ਸਗੋਂ ਇੱਕ ਪ੍ਰਾਈਵੇਟ ਵਿਅਕਤੀ ਮਿਲਿਆ ਹੈ। ਚੀਮਾ ਨੇ ਦੋਸ਼ ਲਗਾਇਆ ਕਿ ਈਡੀ, ਸੀਬੀਆਈ, ਇਨਕਮ ਟੈਕਸ ਅਤੇ ਹੋਰ ਸੰਸਥਾਵਾਂ ਦਾ ਵਰਤੋਂ ਸਿਆਸੀ ਦਬਾਅ ਬਣਾਉਣ ਲਈ ਕੀਤਾ ਜਾ ਰਿਹਾ ਹੈ, ਜਿਸ ਨਾਲ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਖ਼ਤਰਾ ਪੈਦਾ ਹੋ ਰਿਹਾ ਹੈ।