ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਮਈ, 2026, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :
ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਕੋਮਲ ਮਿੱਤਲ ਨੇ ਅੱਜ ਇੱਥੇ ਮੀਡੀਆ ਨੂੰ ਦੱਸਿਆ ਕਿ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਨਗਰ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਨੂੰ ਪੂਰੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਇਕ ਨੋਟੀਫਿਕੇਸ਼ਨ ਜਾਰੀ ਕਰਕੇ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ, ਜਿਸ ਤਹਿਤ ਜ਼ਿਲ੍ਹੇ ਵਿੱਚ ਵੀ ਇਹ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ।
ਉਨ੍ਹਾਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਅਧੀਨ ਜ਼ਿਲ੍ਹਾ ਐਸ.ਏ.ਐਸ ਨਗਰ ਵਿੱਚ 25 ਜੂਨ,2026 ਤੋਂ 24 ਜੁਲਾਈ, 2026 ਤੱਕ ਬੀ ਐਲ ਓਜ਼ ਘਰੋਂ-ਘਰੀਂ ਜਾ ਕੇ ਵੋਟਰਜ਼ ਦੇ ਫਾਰਮ ਭਰਵਾਉਣਗੇ। ਇਸ ਕਾਰਜ ਲਈ 838 ਬੀ ਐਲ ਓਜ਼, 83 ਸੁਪਰਵਾਈਜ਼ਰ, 3 ਈ ਆਰ ਓਜ਼ ਅਤੇ 6 ਏ ਈ ਆਰ ਓਜ਼ ਸਮੇਤ ਪੂਰਾ ਚੋਣ ਅਮਲਾ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਐਸ.ਆਈ.ਆਰ. ਸਬੰਧੀ ਬੀ ਐਲ ਓਜ਼ ਨੂੰ ਟ੍ਰੇਨਿੰਗ ਦੇਣ ਅਤੇ ਹੋਰ ਤਿਆਰੀਆਂ ਸਬੰਧੀ ਕੰਮ 15 ਜੂਨ, 2026 ਤੋਂ 24 ਜੂਨ, 2026 ਤੱਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਹਰੇਕ ਯੋਗ ਨਾਗਰਿਕ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ ਅਤੇ ਅਯੋਗ ਵਿਅਕਤੀਆਂ ਨੂੰ ਸੂਚੀ ਵਿੱਚੋਂ ਬਾਹਰ ਕਰਨਾ ਹੈ। ਜ਼ਿਲ੍ਹਾ ਚੋਣ ਅਫਸਰ ਨੇ ਕਿਹਾ ਕਿ ਦੋਹਰੀ ਵੋਟ ਰੱਖਣਾ ਭਾਰਤੀ ਸੰਵਿਧਾਨ ਅਨੁਸਾਰ ਅਪਰਾਧ ਹੈ, ਜਿਸ ਲਈ ਇੱਕ ਸਾਲ ਤੱਕ ਦੀ ਕੈਦ ਦੀ ਸਜ਼ਾ ਹੈ।
ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ 1 ਜਨਵਰੀ, 2003 ਨੂੰ ਯੋਗਤਾ ਮਿਤੀ ਨਿਰਧਾਰਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਐਸ.ਆਈ.ਆਰ. ਬਾਰੇ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਕਰਨ ਦਾ ਕਾਰਜ 24-07-2026 ਤੱਕ ਕੀਤਾ ਜਾਵੇਗਾ ਅਤੇ ਵੋਟਰ ਸੂਚੀ ਦਾ ਖਰੜਾ 31-07-2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ। ਵੋਟਰ ਸੂਚੀਆਂ ਸਬੰਧੀ ਇਤਰਾਜ਼ ਅਤੇ ਦਾਅਵੇ 31-07-2026 ਤੋਂ 30-08-2026 ਤੱਕ ਪੇਸ਼ ਕੀਤੇ ਜਾ ਸਕਦੇ ਹਨ। ਇਤਰਾਜ਼ ਅਤੇ ਦਾਅਵਿਆਂ ਦਾ ਨਿਪਟਾਰਾ 31-07-2026 ਤੋਂ 28-09-2026 ਤੱਕ ਕੀਤਾ ਜਾਵੇਗਾ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ 01-10-2026 ਨੂੰ ਕੀਤੀ ਜਾਵੇਗੀ। ਸ੍ਰੀਮਤੀ ਕੋਮਲ ਮਿੱਤਲ ਨੇ ਜਿਲ੍ਹਾ ਐਸ.ਏ.ਐਸ ਨਗਰ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਕਰਵਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਵਿੱਚ ਬੀ.ਐਲ.ਓਜ਼ ਨੂੰ ਪੂਰਾ ਸਹਿਯੋਗ ਕਰਨ। ਉਨ੍ਹਾਂ ਇਹ ਵੀ ਦੱਸਿਆ ਕਿ ਸੂਬੇ ਦੇ ਵੋਟਰਾਂ ਦੀ ਸਹੂਲਤ ਲਈ ਯੋਗਤਾ ਮਿਤੀ 1 ਜਨਵਰੀ, 2003 ਦੀਆਂ ਵੋਟਰ ਸੂਚੀਆਂ ਨਾਲ ਮੌਜੂਦਾ ਵੋਟਰ ਸੂਚੀਆਂ ਨੂੰ ਜੋੜ ਦਿੱਤਾ ਗਿਆ ਹੈ, ਜਿਸ ਨਾਲ ਸੂਬੇ ਦੇ ਵੋਟਰਾਂ ਨੂੰ ਪੁਰਾਣੀਆਂ ਵੋਟਰ ਸੂਚੀਆਂ ਨੂੰ ਲੱਭਣ ਵਿੱਚ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਵੇਗੀ।
ਸ੍ਰੀਮਤੀ ਕੋਮਲ ਮਿੱਤਲ ਨੇ ਦੱਸਿਆ ਕਿ ਜ਼ਿਲ੍ਹਾ ਐਸ.ਏ.ਐਸ ਨਗਰ ਵਿੱਚ 65.74% ਫੀਸਦੀ ਮੈਪਿੰਗ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦੀ ਪੂਰਵ ਗਤੀਵਿਧੀ ਵਜੋਂ ਨੇਪਰੇ ਚੜ੍ਹ ਚੁੱਕੀ ਹੈ, ਜਿਸ ਸਬੰਧੀ ਬੀ.ਐਲ.ਓਜ਼ ਘਰੋਂ-ਘਰੀਂ ਜਾ ਕੇ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਫਾਰਮ ਭਰਵਾਉਣਗੇ ਅਤੇ ਫਾਰਮ ਨੂੰ ਮੁੜ ਪ੍ਰਾਪਤ ਕਰਨ ਲਈ ਵੋਟਰਾਂ ਦੇ ਘਰ ਜਾ ਕੇ ਤਿੰਨ ਵਾਰ ਉਨ੍ਹਾਂ ਨਾਲ ਸੰਪਰਕ ਕਰਨਗੇ। ਉਨ੍ਹਾਂ ਦੱਸਿਆ ਕਿ ਐਸ.ਆਈ.ਆਰ. ਦੌਰਾਨ ਆਧਾਰ ਕਾਰਡ ਨੂੰ ਸਿਰਫ ਪਹਿਚਾਣ ਦੇ ਸਰੋਤ ਵਜੋਂ ਹੀ ਮਾਨਤਾ ਦਿੱਤੀ ਗਈ ਹੈ ਨਾ ਕਿ ਪਹਿਚਾਣ ਦੇ ਸਬੂਤ ਵਜੋਂ।
ਜ਼ਿਲ੍ਹਾ ਚੋਣ ਅਫਸਰ ਵੱਲੋਂ ਜ਼ਿਲ੍ਹੇ ਦੀਆਂ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਬਲਾਕ ਲੈਵਲ ਏਜੰਟ ਜ਼ਰੂਰ ਨਿਯੁਕਤ ਕਰਨ ਤਾਂ ਜੋ ਇਹ ਕਾਰਜ ਨਿਰਵਿਘਨ ਢੰਗ ਨਾਲ ਨੇਪਰੇ ਚੜ੍ਹ ਸਕੇ।
ਵਧੇਰੀ ਜਾਣਕਾਰੀ ਲਈ ਟੋਲ ਫਰੀ ਨੰ.1950 ਤੇ ਸੰਪਰਕ ਕਰ ਸਕਦੇ ਹੋ ।