ਅੰਮ੍ਰਿਤਸਰ, 28 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :
ਗੱਡੀ ਖੜ੍ਹੀ ਕਰਨ ਨੂੰ ਲੈ ਕੇ ਦੋ ਧਿਰਾਂ ਵਿੱਚ ਹੋਇਆ ਮਾਮੂਲੀ ਝਗੜਾ ਖੂਨੀ ਰੂਪ ਧਾਰਨ ਕਰ ਗਿਆ। ਆਪਸੀ ਹੋਈ ਤਕਰਾਰਬਾਜ਼ੀ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਆਗੂ ਨੂੰ ਗੋਲੀ ਮਾਰ ਦਿੱਤੀ, ਜਿਸ ਨੂੰ ਜ਼ਖਮੀ ਹਾਲਤ ਵਿੱਚ ਹਸਪਤਾਲ ਭਰਤੀ ਕਰਵਾਇਆ ਗਿਆ। ਅੰਮ੍ਰਿਤਸਰ ਦੇ ਕੋਟ ਆਤਮਾ ਰਾਮ ਇਲਾਕੇ ਵਿੱਚ ਹੋਏ ਮਾਮੂਲੀ ਤਕਰਾਰ ਦੌਰਾਨ ਗੋਲੀ ਚਲਾ ਦਿੱਤੀ ਗਈ। ਇਸ ਘਟਨਾ ਵਿੱਚ ਆਮ ਆਦਮੀ ਪਾਰਟੀ ਨਾਲ ਜੁੜੇ ਜੈਪਾਲ ਸਿੰਘ ਅਤੇ ਇੱਕ ਹੋਰ ਵਿਅਕਤੀ ਨਰਿੰਦਰ ਸਿੰਘ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਦੱਖਣੀ ਹਲਕੇ ਤੋਂ ਵਿਧਾਇਕ ਡਾ. ਇੰਦਰਵੀਰ ਸਿੰਘ ਨਿੱਝਰ ਵੀ ਹਸਪਤਾਲ ਪਹੁੰਚੇ ਅਤੇ ਜਖਮੀ ਜੈਪਾਲ ਸਿੰਘ ਦਾ ਹਾਲ-ਚਾਲ ਜਾਣਿਆ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਸੀ ਕਿ ਉਨ੍ਹਾਂ ਦੇ ਹਲਕੇ ਵਿੱਚ ਗੋਲੀਬਾਰੀ ਹੋਈ ਹੈ ਅਤੇ ਜੈਪਾਲ ਸਿੰਘ ਅਮਨਦੀਪ ਹਸਪਤਾਲ ਵਿੱਚ ਦਾਖਲ ਹਨ। ਉਨ੍ਹਾਂ ਕਿਹਾ ਕਿ ਫਿਲਹਾਲ ਡਾਕਟਰਾਂ ਨਾਲ ਗੱਲ ਕਰਕੇ ਮਰੀਜ਼ਾਂ ਦੀ ਸਥਿਤੀ ਬਾਰੇ ਜਾਣਕਾਰੀ ਲਈ ਗਈ ਹੈ ਅਤੇ ਪੂਰੀ ਘਟਨਾ ਬਾਰੇ ਅਜੇ ਵਿਸਥਾਰ ਨਾਲ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।
ਡਾ. ਨਿੱਝਰ ਨੇ ਕਿਹਾ ਕਿ ਜੈਪਾਲ ਸਿੰਘ ਆਮ ਆਦਮੀ ਪਾਰਟੀ ਦੇ ਸੀਨੀਅਰ ਵਲੰਟੀਅਰ ਹਨ ਅਤੇ ਪਹਿਲਾਂ ਚੋਣ ਵੀ ਲੜ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮਾਮਲੇ ਦੇ ਸਾਰੇ ਪੱਖਾਂ ਦੀ ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋਵੇਗਾ ਕਿ ਘਟਨਾ ਦੇ ਅਸਲ ਕਾਰਨ ਕੀ ਸਨ। ਉਨ੍ਹਾਂ ਇਹ ਵੀ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਸਿਆਸੀ ਰੰਜਿਸ਼ ਦੀ ਪੁਸ਼ਟੀ ਨਹੀਂ ਹੋਈ ਅਤੇ ਪੁਲਿਸ ਜਾਂਚ ਤੋਂ ਬਾਅਦ ਹੀ ਸੱਚਾਈ ਸਾਹਮਣੇ ਆਵੇਗੀ।
ਇਸ ਮੌਕੇ ਵਾਰਡ ਨੰਬਰ 47 ਤੋਂ ਕੌਂਸਲਰ ਵਰਪਾਲ ਸਿੰਘ ਬੱਬਰ ਨੇ ਦੱਸਿਆ ਕਿ ਜੈਪਾਲ ਸਿੰਘ ਉਨ੍ਹਾਂ ਦੇ ਕਰੀਬੀ ਸਾਥੀ ਹਨ ਅਤੇ ਆਮ ਆਦਮੀ ਪਾਰਟੀ ਨਾਲ ਜੁੜੇ ਹੋਏ ਹਨ। ਉਨ੍ਹਾਂ ਮੁਤਾਬਕ ਸ਼ੁਰੂਆਤੀ ਜਾਣਕਾਰੀ ਅਨੁਸਾਰ ਗੱਡੀ ਖੜੀ ਕਰਨ ਨੂੰ ਲੈ ਕੇ ਦੋ ਧਿਰਾਂ ਵਿੱਚ ਤਕਰਾਰ ਹੋਈ ਸੀ, ਜੋ ਬਾਅਦ ਵਿੱਚ ਹਿੰਸਕ ਝਗੜੇ ਵਿੱਚ ਬਦਲ ਗਈ। ਉਨ੍ਹਾਂ ਦੱਸਿਆ ਕਿ ਗੋਲੀਬਾਰੀ ਦੌਰਾਨ ਜੈਪਾਲ ਸਿੰਘ ਨੂੰ ਇੱਕ ਗੋਲੀ ਲੱਗੀ, ਜਦਕਿ ਹੋਰ ਫਾਇਰ ਵੀ ਕੀਤੇ ਗਏ। ਉਨ੍ਹਾਂ ਇਹ ਵੀ ਕਿਹਾ ਕਿ ਜੈਪਾਲ ਸਿੰਘ ਦੇ ਪੁੱਤਰ ‘ਤੇ ਵੀ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ।
ਉੱਥੇ ਹੀ ਥਾਣਾ ਬੀ ਡਿਵੀਜ਼ਨ ਦੇ ਪੁਲਿਸ ਅਧਿਕਾਰੀ ਬਲਜਿੰਦਰ ਸਿੰਘ ਓਲਖ ਨੇ ਦੱਸਿਆ ਕਿ ਕਰਨ ਨਾਮਕ ਨੌਜਵਾਨ ਵੱਲੋਂ ਗੱਡੀ ਪਾਰਕ ਕਰਨ ਨੂੰ ਲੈ ਕੇ ਤਜਿੰਦਰ ਸਿੰਘ ਨਾਲ ਬਹਿਸ ਹੋਈ ਸੀ। ਇਸ ਤੋਂ ਬਾਅਦ ਦੋਵੇਂ ਧਿਰਾਂ ਵਿੱਚ ਝੜਪ ਹੋ ਗਈ ਅਤੇ ਮਾਮਲਾ ਇੰਨਾ ਵੱਧ ਗਿਆ ਕਿ ਦੋਵੇਂ ਪਾਸਿਆਂ ਤੋਂ ਗੋਲੀਆਂ ਚੱਲੀਆਂ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਘਟਨਾ ਵਿੱਚ ਜੈਪਾਲ ਸਿੰਘ ਅਤੇ ਨਰਿੰਦਰ ਸਿੰਘ ਜ਼ਖਮੀ ਹੋਏ ਹਨ ਅਤੇ ਦੋਵੇਂ ਦਾ ਇਲਾਜ ਚੱਲ ਰਿਹਾ ਹੈ। ਫਿਲਹਾਲ ਪੁਲਿਸ ਵੱਲੋਂ ਮੌਕੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਵੇਂ ਧਿਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਪੁਲਿਸ ਨੇ ਕਿਹਾ ਕਿ ਜਾਂਚ ਦੌਰਾਨ ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਅਨੁਸਾਰ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।













