ਚੰਡੀਗੜ੍ਹ, 13 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇੱਕ ਵੀਡੀਓ ਸੰਦੇਸ਼ ਜਾਰੀ ਕਰਦਿਆਂ ਆਪਣੇ ਸਬੰਧ ਵਿੱਚ ਸੋਸ਼ਲ ਮੀਡੀਆ ‘ਤੇ ਚੱਲ ਰਹੀ ਬਿਆਨਬਾਜ਼ੀ ਅਤੇ ਦਾਅਵਿਆਂ ਬਾਰੇ ਸਪੱਸ਼ਟੀਕਰਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੁਝ ਧਿਰਾਂ ਅਤੇ ਵਿਅਕਤੀਆਂ ਵੱਲੋਂ ਉਨ੍ਹਾਂ ਖ਼ਿਲਾਫ਼ ਗਲਤ ਜਾਣਕਾਰੀ ਫੈਲਾਈ ਜਾ ਰਹੀ ਹੈ, ਜਿਸ ਕਾਰਨ ਸੰਗਤ ਵਿੱਚ ਭਰਮ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਇਹ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਉਹ ਵਿਸ਼ੇਸ਼ ਜਾਂਚ ਟੀਮ (SIT) ਸਾਹਮਣੇ ਪੇਸ਼ ਹੋਏ ਸਨ, ਜਦਕਿ ਹਕੀਕਤ ਇਹ ਹੈ ਕਿ ਉਹ ਕਦੇ ਵੀ SIT ਸਾਹਮਣੇ ਪੇਸ਼ ਨਹੀਂ ਹੋਏ। ਉਨ੍ਹਾਂ ਦੱਸਿਆ ਕਿ SIT ਦੇ ਮੈਂਬਰ ਖੁਦ ਉਨ੍ਹਾਂ ਨਾਲ ਮੁਲਾਕਾਤ ਕਰਨ ਲਈ ਆਏ ਸਨ ਅਤੇ ਉਸ ਮੁਲਾਕਾਤ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ 328 ਸਰੂਪਾਂ ਦੇ ਮਾਮਲੇ ਸਬੰਧੀ ਵੀ ਸਪੱਸ਼ਟ ਕੀਤਾ ਕਿ ਇਸ ਵਿਸ਼ੇ ‘ਤੇ ਉਨ੍ਹਾਂ ਦੀ SIT ਨਾਲ ਕੋਈ ਗੱਲਬਾਤ ਨਹੀਂ ਹੋਈ। ਉਨ੍ਹਾਂ ਕਿਹਾ ਕਿ ਕੁਝ ਲੋਕ ਇਸ ਮਾਮਲੇ ਨੂੰ ਲੈ ਕੇ ਤੱਥਾਂ ਤੋਂ ਉਲਟ ਦਾਅਵੇ ਕਰ ਰਹੇ ਹਨ, ਜਿਨ੍ਹਾਂ ਦਾ ਸੱਚਾਈ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਸਾਬਕਾ ਜਥੇਦਾਰ ਨੇ ਇਹ ਵੀ ਕਿਹਾ ਕਿ SIT ਵੱਲੋਂ ਪੁੱਛੇ ਗਏ ਕੁਝ ਸਵਾਲਾਂ ਦੇ ਜਵਾਬ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਪਹਿਲਾਂ ਹੀ ਦਿੱਤੇ ਜਾ ਚੁੱਕੇ ਹਨ। ਗਿਆਨੀ ਰਘਬੀਰ ਸਿੰਘ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ਜਾਂ ਗਲਤ ਜਾਣਕਾਰੀ ‘ਤੇ ਵਿਸ਼ਵਾਸ ਕਰਨ ਦੀ ਬਜਾਏ ਤੱਥਾਂ ਅਤੇ ਅਧਿਕਾਰਤ ਜਾਣਕਾਰੀ ਨੂੰ ਹੀ ਅਧਾਰ ਬਣਾਉਣ।

Spread the love