ਨਾਲੰਦਾ, 31 ਮਾਰਚ :

ਬਿਹਾਰ ਦੇ ਨਾਲੰਦਾ ਜ਼ਿਲ੍ਹੇ ਤੋਂ ਇੱਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਮੰਗਲਵਾਰ ਸਵੇਰੇ ਇੱਥੋਂ ਦੇ ਪ੍ਰਸਿੱਧ ਸ਼ੀਤਲਾ ਮਾਤਾ ਮੰਦਰ ਵਿੱਚ ਮਚੀ ਭਗਦੜ ਕਾਰਨ 9 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿੱਚ 8 ਔਰਤਾਂ ਸ਼ਾਮਲ ਹਨ, ਜਿਨ੍ਹਾਂ ਦੀ ਮੌਕੇ ‘ਤੇ ਹੀ ਦਮ ਘੁੱਟਣ ਕਾਰਨ ਮੌਤ ਹੋ ਗਈ, ਜਦਕਿ ਇੱਕ ਪੁਰਸ਼ ਨੇ ਹਸਪਤਾਲ ਵਿੱਚ ਦਮ ਤੋੜ ਦਿੱਤਾ।

ਇਸ ਪੂਰੀ ਘਟਨਾ ਪਿੱਛੇਨ ਪ੍ਰਸ਼ਾਸਨਿਕ ਲਾਪਰਵਾਹੀ ਸਾਹਮਣੇ ਆਈ ਹੈ। ਚੇਤ ਮਹੀਨੇ ਦੇ ਆਖਰੀ ਮੰਗਲਵਾਰ ਅਤੇ ਸ਼ੀਤਲਾ ਅਸ਼ਟਮੀ ਦੇ ਮੌਕੇ ‘ਤੇ ਮੰਦਰ ਵਿੱਚ ਭਾਰੀ ਭੀੜ ਇਕੱਠੀ ਹੋਈ ਸੀ। ਮੌਕੇ ‘ਤੇ ਮੌਜੂਦ ਲੋਕਾਂ ਅਨੁਸਾਰ ਸੁਰੱਖਿਆ ਦੇ ਕੋਈ ਪ੍ਰਬੰਧ ਨਹੀਂ ਸੀ, ਮੰਦਰ ਵਿੱਚ ਕਰੀਬ 10 ਹਜ਼ਾਰ ਸ਼ਰਧਾਲੂ ਮੌਜੂਦ ਸਨ, ਪਰ ਭੀੜ ਨੂੰ ਕੰਟਰੋਲ ਕਰਨ ਲਈ ਇੱਕ ਵੀ ਪੁਲਿਸ ਮੁਲਾਜ਼ਮ ਤਾਇਨਾਤ ਨਹੀਂ ਸੀ। ਹੈਰਾਨੀ ਦੀ ਗੱਲ ਇਹ ਹੈ ਕਿ ਅੱਜ ਨਾਲੰਦਾ ਯੂਨੀਵਰਸਿਟੀ ਦੇ ਸਮਾਗਮ ਵਿੱਚ ਰਾਸ਼ਟਰਪਤੀ ਦੀ ਆਮਦ ਸੀ, ਜਿਸ ਲਈ 2500 ਜਵਾਨ ਤਾਇਨਾਤ ਕੀਤੇ ਗਏ ਸਨ, ਪਰ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਪੂਰੀ ਤਰ੍ਹਾਂ ਅਣਗੌਲਿਆ ਕਰ ਦਿੱਤਾ ਗਿਆ। ਦਰਸ਼ਨ ਕਰਨ ਦੀ ਕਾਹਲੀ ਵਿੱਚ ਸ਼ਰਧਾਲੂਆਂ ਵਿਚਾਲੇ ਧੱਕਾ-ਮੁੱਕੀ ਹੋ ਗਈ, ਜਿਸ ਕਾਰਨ ਅਫਰਾ-ਤਫਰੀ ਮਚ ਗਈ ਅਤੇ ਕਈ ਲੋਕ ਭੀੜ ਹੇਠ ਦੱਬੇ ਗਏ। ਹਾਦਸੇ ਤੋਂ ਬਾਅਦ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਮੁੱਖ ਸਕੱਤਰ ਨੂੰ ਜਾਂਚ ਦੇ ਨਿਰਦੇਸ਼ ਦਿੱਤੇ ਹਨ। ਲਾਪਰਵਾਹੀ ਵਰਤਣ ਦੇ ਦੋਸ਼ ਵਿੱਚ ਦੀਪਨਗਰ ਥਾਣੇ ਦੇ ਸ਼੍ਹੌ ਰਾਜਮਣੀ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਬਿਹਾਰ ਸਰਕਾਰ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 6-6 ਲੱਖ ਰੁਪਏ ਅਤੇ ਕੇਂਦਰ ਸਰਕਾਰ ਨੇ 2-2 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।

Spread the love