ਨਯਾ ਗਾਓਂ, 22 ਮਈ, ਪ੍ਰਾਈਮ ਏਸ਼ੀਆ ਨਿਊ ਬਿਊਰੋ :
ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਹਲਕਾ ਖਰੜ ਦੀ ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਵੱਖ-ਵੱਖ ਵਾਰਡਾਂ ਵਿੱਚ ਚੋਣ ਪ੍ਰਚਾਰ ਕੀਤਾ ਗਿਆ ਅਤੇ ਲੋਕਾਂ ਨਾਲ ਰੂਬਰੂ ਹੋ ਕੇ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਵੱਲੋਂ ਕੀਤੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ।
ਇਸ ਦੌਰਾਨ ਵਾਰਡ ਨੰਬਰ 10 ਤੋਂ ਉਮੀਦਵਾਰ ਸ. ਹਰਪ੍ਰੀਤ ਸਿੰਘ ਜੀ, ਵਾਰਡ ਨੰਬਰ 14 ਤੋਂ ਸ. ਮਲਕੀਤ ਸਿੰਘ ਜੀ, ਵਾਰਡ ਨੰਬਰ 16 ਤੋਂ ਸ. ਕੁਲਬੀਰ ਸਿੰਘ ਜੀ ਅਤੇ ਵਾਰਡ ਨੰਬਰ 17 ਤੋਂ ਸ਼੍ਰੀਮਤੀ ਸ਼ਿਵਾਲਿਕਾ ਜੀ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਗਿਆ। ਲੋਕਾਂ ਵੱਲੋਂ ਮਿਲੇ ਭਰਵੇਂ ਸਮਰਥਨ ਅਤੇ ਪਿਆਰ ਨੇ ਸਪੱਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਪ੍ਰਤੀ ਲੋਕਾਂ ਦਾ ਵਿਸ਼ਵਾਸ ਲਗਾਤਾਰ ਮਜ਼ਬੂਤ ਹੋ ਰਿਹਾ ਹੈ। ਇਸ ਮੌਕੇ ਮਹਿਲਾਵਾਂ ਦੀ ਵੱਡੀ ਭਾਗੀਦਾਰੀ ਅਤੇ ਉਨ੍ਹਾਂ ਵੱਲੋਂ ਮਿਲਿਆ ਭਰਵਾਂ ਸਮਰਥਨ ਵਿਸ਼ੇਸ਼ ਆਕਰਸ਼ਣ ਦਾ ਕੇਂਦਰ ਰਿਹਾ।
ਇਸ ਮੌਕੇ ਵਾਰਡ ਨੰਬਰ 12 ਤੋਂ ਉਮੀਦਵਾਰ ਸ. ਸੁਨੀਲ ਕੁਮਾਰ ਜੀ ਦੇ ਚੋਣ ਦਫ਼ਤਰ ਦਾ ਵੀ ਸ਼ੁਭ ਉਦਘਾਟਨ ਕੀਤਾ ਗਿਆ। ਲੋਕਾਂ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਮਾਨ ਸਰਕਾਰ ਦੇ ਕੰਮਾਂ ‘ਤੇ ਭਰੋਸਾ ਜਤਾਉਂਦਿਆਂ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ।
ਵਿਧਾਇਕ ਅਨਮੋਲ ਗਗਨ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਲੋਕਪੱਖੀ ਸੋਚ, ਇਮਾਨਦਾਰ ਕਾਰਗੁਜ਼ਾਰੀ ਅਤੇ ਵਿਕਾਸਮੁੱਖੀ ਨੀਤੀਆਂ ਕਾਰਨ ਲੋਕ ਆਮ ਆਦਮੀ ਪਾਰਟੀ ਨਾਲ ਮਜ਼ਬੂਤੀ ਨਾਲ ਜੁੜ ਰਹੇ ਹਨ। ਉਨ੍ਹਾਂ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਵਿਕਾਸ ਦੀ ਇਸ ਰਫ਼ਤਾਰ ਨੂੰ ਹੋਰ ਤੇਜ਼ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਜਿਹੜੇ ਕੰਮ ਦਹਾਕਿਆਂ ਤੱਕ ਲਟਕਦੇ ਰਹੇ, ਉਹ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚਾਰ ਸਾਲਾਂ ਵਿੱਚ ਕਰਕੇ ਦਿਖਾਏ ਹਨ। ਨਯਾ ਗਾਓਂ ਲਈ ਸੀਵਰੇਜ ਟ੍ਰੀਟਮੈਂਟ ਪਲਾਂਟ ਦੇ ਪ੍ਰੋਜੈਕਟ ਨੂੰ ਅੱਗੇ ਵਧਾਇਆ ਗਿਆ, ਨਵੇਂ ਬਿਜਲੀ ਗਰਿੱਡ ਨੂੰ ਮਨਜ਼ੂਰੀ ਦਿਵਾਈ ਗਈ, ਬਿਜਲੀ ਦੀਆਂ ਤਾਰਾਂ ਨੂੰ ਅੰਡਰਗਰਾਊਂਡ ਕਰਨ ਦੀ ਪ੍ਰਕਿਰਿਆ ਸ਼ੁਰੂ ਕਰਵਾਈ ਗਈ ਅਤੇ ਈਕੋ ਸੈਂਸਿਟਿਵ ਜ਼ੋਨ ਦੀ 100 ਮੀਟਰ ਪਾਬੰਦੀ ਨਾਲ ਜੁੜੇ ਲੰਬੇ ਸਮੇਂ ਤੋਂ ਚੱਲ ਰਹੇ ਮਸਲਿਆਂ ਦੇ ਹੱਲ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਗਏ। ਇਸ ਤੋਂ ਇਲਾਵਾ ਨਵੇਂ ਫਾਇਰ ਸਟੇਸ਼ਨ ਦੀ ਮਨਜ਼ੂਰੀ ਅਤੇ ਬਿਜਲੀ ਮੀਟਰਾਂ ਨਾਲ ਸਬੰਧਤ ਸਮੱਸਿਆਵਾਂ ਦੇ ਨਿਪਟਾਰੇ ਵਰਗੇ ਅਹਿਮ ਕੰਮ ਵੀ ਮਾਨ ਸਰਕਾਰ ਦੀਆਂ ਵੱਡੀਆਂ ਪ੍ਰਾਪਤੀਆਂ ਹਨ। ਉਨ੍ਹਾਂ ਕਿਹਾ ਕਿ ਇਹ ਵਿਕਾਸ ਕਾਰਜ ਸਾਬਤ ਕਰਦੇ ਹਨ ਕਿ ਆਮ ਆਦਮੀ ਪਾਰਟੀ ਸਿਰਫ਼ ਵਾਅਦੇ ਨਹੀਂ ਕਰਦੀ, ਸਗੋਂ ਉਨ੍ਹਾਂ ਨੂੰ ਪੂਰਾ ਕਰਕੇ ਵੀ ਦਿਖਾਉਂਦੀ ਹੈ।
ਵਿਧਾਇਕ ਅਨਮੋਲ ਗਗਨ ਮਾਨ ਨੇ ਨਯਾ ਗਾਓਂ ਦੇ ਸਮੂਹ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਨਗਰ ਕੌਂਸਲ ਵਿੱਚ ਆਮ ਆਦਮੀ ਪਾਰਟੀ ਦੀ ਮਜ਼ਬੂਤ ਕੌਂਸਲ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਨਗਰ ਕੌਂਸਲ ਵਿੱਚ ਵੀ ਆਮ ਆਦਮੀ ਪਾਰਟੀ ਨੂੰ ਲੋਕਾਂ ਦਾ ਪੂਰਾ ਸਹਿਯੋਗ ਮਿਲਦਾ ਹੈ ਤਾਂ ਨਯਾ ਗਾਓਂ ਦੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ ਅਤੇ ਲੋਕਾਂ ਦੀਆਂ ਹਰ ਸਮੱਸਿਆਵਾਂ ਦਾ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ।













