ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਫਰਵਰੀ :
ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਸ਼੍ਰੀ ਸੁਰਿੰਦਰ ਕਲਿਆਣ ਨੇ ਅੱਜ ਇੱਥੇ ਕਿਹਾ ਕਿ ਸੂਬੇ ਭਰ ਵਿੱਚ ਕੰਮ ਕਰ ਰਹੇ ਸਫਾਈ ਸੇਵਕਾਂ ਦੇ ਹਿੱਤਾਂ ਦੀ ਰੱਖਿਆ ਕਰਨਾ ਕਮਿਸ਼ਨ ਦੀ ਪ੍ਰਮੁੱਖ ਜ਼ਿੰਮੇਵਾਰੀ ਹੈ ਅਤੇ ਕਿਸੇ ਨੂੰ ਵੀ ਉਨ੍ਹਾਂ ਦਾ ਸ਼ੋਸ਼ਣ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ।

ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਦੌਰੇ ਦੌਰਾਨ ਉਨ੍ਹਾਂ ਨੇ ਨਗਰ ਨਿਗਮ, ਨਗਰ ਕੌਂਸਲਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਅਤੇ ਸਫਾਈ ਸੇਵਕਾਂ ਨਾਲ ਸੰਬੰਧਿਤ ਮਾਮਲਿਆਂ ਨੂੰ ਤਰਜੀਹ ਦੇ ਆਧਾਰ ’ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਕੁਰਾਲੀ, ਮੋਹਾਲੀ ਅਤੇ ਨਵਾਂ ਗਾਉਂ  ਦੇ ਸਫਾਈ ਸੇਵਕ ਯੂਨੀਅਨਾਂ ਦੇ ਪ੍ਰਤਿਨਿਧੀਆਂ ਸ਼ੇਖਰ ਕੁਮਾਰ, ਅਜੀਤ ਸਿੰਘ ਅਤੇ ਨਰੇਸ਼ ਕੁਮਾਰ ਦੀਆਂ ਮੰਗਾਂ ਧਿਆਨ ਨਾਲ ਸੁਣੀਆਂ। ਉਨ੍ਹਾਂ ਨੇ ਨਗਰ ਨਿਗਮ/ਕੌਂਸਲਾਂ ਨੂੰ ਨਿਰਦੇਸ਼ ਦਿੱਤਾ ਕਿ ਰੈਗੂਲਰਾਈਜ਼ੇਸ਼ਨ ਦੇ ਮਾਮਲੇ ਬਿਨਾਂ ਦੇਰੀ ਸਥਾਨਕ ਸਰਕਾਰ ਵਿਭਾਗ ਨੂੰ ਭੇਜੇ ਜਾਣ।

ਉਪ-ਚੇਅਰਮੈਨ ਨੇ ਸਫਾਈ ਸੇਵਕਾਂ ਲਈ ਚੰਗੀਆਂ ਕੰਮ ਕਾਰ ਦੀਆਂ ਹਾਲਤਾਂ ਅਤੇ ਲੋੜੀਂਦੀਆਂ ਸੁਵਿਧਾਵਾਂ ਮੁਹੱਈਆ ਕਰਵਾਉਣ ’ਤੇ ਜ਼ੋਰ ਦਿੱਤਾ ਅਤੇ ਕਿਹਾ ਕਿ ਉਨ੍ਹਾਂ ਨਾਲ ਹਮਦਰਦੀਪੂਰਨ ਅਤੇ ਸਨਮਾਨਪੂਰਵਕ ਵਿਵਹਾਰ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਫਾਈ ਸੇਵਕ ਦੇਸ਼ ਦੇ ਸਰਹੱਦਾਂ ਦੇ ਰਾਖੇ  ਸਿਪਾਹੀਆਂ ਵਾਂਗ ਬਹੁਤ ਹੀ ਮੁਸ਼ਕਿਲ ਘੜੀਆਂ ਵਿੱਚ ਡਿਊਟੀ ਨਿਭਾਉਂਦੇ ਹਨ ਅਤੇ ਸਮਾਜ ਵੱਲੋਂ ਪੈਦਾ ਕੀਤੇ ਗਏ ਕੂੜੇ ਦੀ ਸਫਾਈ ਦੀ ਜ਼ਿੰਮੇਵਾਰੀ ਨਿਭਾਉਂਦੇ ਹਨ। ਉਨ੍ਹਾਂ ਦਾ ਕੰਮ ਆਸਾਨ ਨਹੀਂ ਹੈ ਅਤੇ ਸਾਨੂੰ ਉਨ੍ਹਾਂ ਦੇ ਮਨੁੱਖੀ ਅਧਿਕਾਰਾਂ ਅਤੇ ਉਨ੍ਹਾਂ ਦੀ ਭਲਾਈ ਦਾ ਸਤਿਕਾਰ ਕਰਨਾ ਚਾਹੀਦਾ ਹੈ।

ਉਨ੍ਹਾਂ ਨੇ ਮੀਟਿੰਗ ਵਿੱਚ ਮੌਜੂਦ ਸਥਾਨਕ ਸੰਸਥਾਵਾਂ ਦੇ ਅਧਿਕਾਰੀਆਂ ਨੂੰ ਸਫਾਈ ਸੇਵਕਾਂ ਨੂੰ ਉਨ੍ਹਾਂ ਦੇ ਹੱਕ ਅਨੁਸਾਰ ਵਰਦੀਆਂ ਮੁਹੱਈਆ ਕਰਵਾਉਣ ਲਈ ਵੀ ਕਿਹਾ। ਉਨ੍ਹਾਂ ਖ਼ਬਰਦਾਰ ਕੀਤਾ ਕਿ ਅਧਿਕਾਰਾਂ ਦੀ ਉਲੰਘਣਾ ਸਬੰਧੀ ਕੋਈ ਵੀ ਰਿਪੋਰਟ ਆਉਣ ’ਤੇ ਕਮਿਸ਼ਨ ਤੁਰੰਤ ਕਾਰਵਾਈ ਕਰੇਗਾ।
ਉਨ੍ਹਾਂ ਕਿਹਾ ਕਿ ਕਮਿਸ਼ਨ ਸੂਬੇ ਦੇ ਸਾਰੇ ਜ਼ਿਲ੍ਹਿਆਂ ਦਾ ਦੌਰਾ ਕਰੇਗਾ ਤਾਂ ਜੋ ਸਫਾਈ ਸੇਵਕਾਂ ਦੇ ਹਿਤਾਂ ਦੀ ਰੱਖਿਆ ਯਕੀਨੀ ਬਣਾਈ ਜਾ ਸਕੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕੇ।

ਜੁਆਇੰਟ ਕਮਿਸ਼ਨਰ, ਮੋਹਾਲੀ ਨਗਰ ਨਿਗਮ ਜਸਜੀਤ ਸਿੰਘ ਨੇ ਉਪ-ਚੇਅਰਮੈਨ ਨੂੰ ਭਰੋਸਾ ਦਿੱਤਾ ਕਿ ਅੱਜ ਦੇ ਦੌਰੇ ਦੌਰਾਨ ਉਠਾਏ ਗਏ ਸਾਰੇ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾਵੇਗਾ।

ਮੀਟਿੰਗ ਵਿੱਚ ਈ.ਓ. ਰਵਨੀਤ ਸਿੰਘ, ਸੁਖਦੇਵ ਸਿੰਘ, ਰਜਨੀਸ਼ ਸੂਦ, ਪਰਵਿੰਦਰ ਸਿੰਘ ਭੱਟੀ, ਮਨਪ੍ਰੀਤ ਸਿੰਘ, ਹੈਲਥ ਅਫ਼ਸਰ ਡਾ. ਸੰਜੀਵ ਕੰਬੋਜ, ਸਹਾਇਕ ਕਮਿਸ਼ਨਰ ਰੰਜੀਵ ਕੁਮਾਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਦਰਸ਼ਨਜੀਤ ਸਿੰਘ, ਡਿਪਟੀ ਡੀ ਈ ਓ (ਸੈਕੰਡਰੀ) ਅੰਗਰੇਜ ਸਿੰਘ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਅਨਾਮਿਕਾ ਸੋਨੀ ਅਤੇ ਏ ਡੀ ਸੀ (ਯੂ.ਡੀ.) ਦਫ਼ਤਰ ਤੋਂ ਜੁਆਇੰਟ ਡਿਪਟੀ ਡਾਇਰੈਕਟਰ ਵਰਿੰਦਰ ਜੈਨ ਵੀ ਹਾਜ਼ਰ ਸਨ।

Spread the love