ਸਾਹਿਬਜ਼ਾਦਾ ਅਜੀਤ ਸਿੰਘ ਨਗਰ, 21 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਡਿਪਟੀ ਕਮਿਸ਼ਨਰ ਸ਼੍ਰੀਮਤੀ ਕੋਮਲ ਮਿੱਤਲ ਨੇ ਅੱਜ ਸਪੱਸ਼ਟ ਕੀਤਾ ਕਿ ਜ਼ਿਲ੍ਹਾ ਐਸ.ਏ.ਐਸ. ਨਗਰ ਵਿੱਚ ਪੈਟਰੋਲੀਅਮ ਉਤਪਾਦਾਂ ਅਤੇ ਘਰੇਲੂ ਐਲ.ਪੀ.ਜੀ. ਗੈਸ ਦੀ ਕੋਈ ਘਾਟ ਨਹੀਂ ਹੈ ਅਤੇ ਲੋਕਾਂ ਨੂੰ ਘਬਰਾਹਟ ਵਿੱਚ ਆ ਕੇ ਬੇਲੋੜੀ ਖਰੀਦਦਾਰੀ ਜਾਂ ਤੇਲ/ਗੈਸ ਦੀ ਜਮ੍ਹਾਂਖੋਰੀ ਨਾ ਕਰਨ ਦੀ ਅਪੀਲ ਕੀਤੀ।

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੈਟਰੋਲ ਪੰਪ ਡੀਲਰਾਂ ਅਤੇ ਘਰੇਲੂ ਗੈਸ ਕੰਪਨੀਆਂ ਦੇ ਨੁਮਾਇੰਦਿਆਂ ਅਤੇ ਸੇਲਜ਼ ਮੈਨੇਜਰਾਂ ਨਾਲ ਮੀਟਿੰਗ ਦੀ ਅਗਵਾਈ ਕਰਦਿਆਂ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿੱਚ ਪੈਟਰੋਲ, ਡੀਜ਼ਲ ਅਤੇ ਐਲ.ਪੀ.ਜੀ. ਸਿਲੰਡਰਾਂ ਦੀ ਉਪਲਬਧਤਾ ਅਤੇ ਸਪਲਾਈ ਸਥਿਤੀ ਦਾ ਜਾਇਜ਼ਾ ਲਿਆ।

ਉਨ੍ਹਾਂ ਦੱਸਿਆ ਕਿ ਪੈਟਰੋਲ, ਡੀਜ਼ਲ ਅਤੇ ਐਲ.ਪੀ.ਜੀ. ਦੇ ਲੋੜੀਂਦੇ ਸਟਾਕ ਉਪਲਬਧ ਹਨ ਅਤੇ ਜ਼ਿਲ੍ਹੇ ਦੇ ਸਾਰੇ ਹਿੱਸਿਆਂ ਵਿੱਚ ਨਿਯਮਿਤ ਸਪਲਾਈ ਜਾਰੀ ਹੈ। ਉਨ੍ਹਾਂ ਸੰਬੰਧਤ ਕੰਪਨੀਆਂ ਅਤੇ ਡੀਲਰਾਂ ਨੂੰ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਅਤੇ ਕਿਸੇ ਵੀ ਤਰ੍ਹਾਂ ਦੀ ਬਣਾਵਟੀ ਕਮੀ ਜਾਂ ਕਾਲਾਬਾਜ਼ਾਰੀ ਉੱਤੇ ਸਖ਼ਤ ਨਿਗਰਾਨੀ ਰੱਖਣ ਦੇ ਨਿਰਦੇਸ਼ ਦਿੱਤੇ।

ਸ਼੍ਰੀਮਤੀ ਮਿੱਤਲ ਨੇ ਲੋਕਾਂ ਨੂੰ ਤੇਲ/ਗੈਸ ਦੀ ਸੂਝਬੂਝ ਨਾਲ ਅਤੇ ਲੋੜ ਅਨੁਸਾਰ ਵਰਤੋਂ ਕਰਨ ਅਤੇ ਪੈਟਰੋਲ ਪੰਪਾਂ ਅਤੇ ਗੈਸ ਏਜੰਸੀਆਂ ’ਤੇ ਬੇਲੋੜੀ ਭੀੜ ਨਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਤੇਲ/ਗੈਸ ਦੀ ਘਾਟ ਸਬੰਧੀ ਅਫਵਾਹਾਂ ’ਤੇ ਵਿਸ਼ਵਾਸ ਨਾ ਕੀਤਾ ਜਾਵੇ ਅਤੇ ਨਾ ਹੀ ਉਹਨਾਂ ਨੂੰ ਫੈਲਾਇਆ ਜਾਵੇ, ਕਿਉਂਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਥਿਤੀ ’ਤੇ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ।

ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਸਾਰੇ ਪੈਟਰੋਲ ਪੰਪਾਂ ਅਤੇ ਗੈਸ ਏਜੰਸੀਆਂ ਨੂੰ ਸੁਚਾਰੂ ਵੰਡ ਯਕੀਨੀ ਬਣਾਉਣ ਅਤੇ ਸਪਲਾਈ ਜਾਂ ਸਟਾਕਿੰਗ ਨਾਲ ਸਬੰਧਤ ਕਿਸੇ ਵੀ ਸਮੱਸਿਆ ਦੀ ਤੁਰੰਤ ਜਾਣਕਾਰੀ ਦੇਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।

ਇਸ ਮੀਟਿੰਗ ਵਿੱਚ ਡੀ.ਐੱਫ.ਐੱਸ.ਸੀ. ਵਰਿੰਦਰ ਕੁਮਾਰ ਅਤੇ ਵੱਖ-ਵੱਖ ਪੈਟਰੋਲੀਅਮ ਅਤੇ ਗੈਸ ਕੰਪਨੀਆਂ ਦੇ ਨੁਮਾਇੰਦੇ ਵੀ ਹਾਜ਼ਰ ਸਨ।

Spread the love