ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਭਾਰਤ ਦੇ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਦੀ ਅਗਵਾਈ ਹੇਠ ਆਗਾਮੀ ਵਿਸ਼ੇਸ਼ ਗਹਿਰੀ ਸੁਧਾਈ (ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026) ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਜ਼ਿਲ੍ਹਾ ਪੱਧਰੀ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ।

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਦੀ ਅਗਵਾਈ ਹੇਠ ਦੋ ਸ਼ਿਫਟਾਂ ਵਿੱਚ ਕਰਵਾਏ ਗਏ ਇਸ ਸਿਖਲਾਈ ਪ੍ਰੋਗਰਾਮ ਦਾ ਉਦੇਸ਼ ਚੋਣ ਅਮਲੇ (ਬੂਥ ਲੈਵਲ ਅਫ਼ਸਰ ਅਤੇ ਹੋਰ) ਨੂੰ ਐੱਸ.ਆਈ.ਆਰ. ਦੀ ਪ੍ਰਕਿਰਿਆ, ਨਿਯਮਾਂ ਅਤੇ ਦਿਸ਼ਾ-ਨਿਰਦੇਸ਼ਾਂ ਬਾਰੇ ਵਿਸਥਾਰਪੂਰਵਕ ਜਾਣੂ ਕਰਵਾਉਣਾ ਸੀ। ਉਨ੍ਹਾਂ ਕਿਹਾ ਕਿ ਇਸ ਮਹੱਤਵਪੂਰਨ ਕਾਰਜ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਚੋਣ ਅਮਲੇ ਦੇ ਨਾਲ-ਨਾਲ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਵੱਲੋਂ ਨਾਮਜ਼ਦ ਬੂਥ ਲੈਵਲ ਏਜੰਟਾਂ (ਬੀ.ਐੱਲ.ਏਜ਼.) ਨੂੰ ਵੀ ਲੋੜੀਂਦੀ ਸਿਖਲਾਈ ਦਿੱਤੀ ਜਾ ਰਹੀ ਹੈ।

ਨੋਡਲ ਅਫ਼ਸਰ (ਸਵੀਪ) ਪ੍ਰੋ. ਗੁਰਬਖ਼ਸ਼ੀਸ਼ ਸਿੰਘ ਅੰਟਾਲ ਨੇ ਦੱਸਿਆ ਕਿ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਜ਼ਿਲ੍ਹਾ ਮਾਲ ਅਫ਼ਸਰ ਹਰਵਿੰਦਰ ਸਿੰਘ ਹੁੰਦਲ ਨੂੰ ਇਸ ਸਿਖਲਾਈ ਪ੍ਰੋਗਰਾਮ ਲਈ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਅੱਜ ਦੇ ਸੈਸ਼ਨ ਦੌਰਾਨ ਜ਼ਿਲ੍ਹਾ ਪੱਧਰੀ ਮਾਸਟਰ ਟਰੇਨਰਾਂ ਭੂਮੀ ਰੱਖਿਆ ਅਫ਼ਸਰ ਅਨਿਲ ਬਾਨਾ, ਪ੍ਰੋ. ਸ਼ਰਨਜੀਤ ਸਿੰਘ, ਅਦਰਸ਼ਪਾਲ ਸਿੰਘ, ਅਮ੍ਰਿਤਬੀਰ ਸਿੰਘ, ਡਾ. ਗੁਰਮੀਤ ਸਿੰਘ ਅਤੇ ਚੋਣ ਵਿਭਾਗ ਦੇ ਪ੍ਰੋਗਰਾਮਰ ਜਤਿੰਦਰ ਕੁਮਾਰ ਵੱਲੋਂ ਅਸੈਂਬਲੀ ਪੱਧਰੀ ਮਾਸਟਰ ਟਰੇਨਰਾਂ, ਡੀ.ਈ.ਓ. ਦਫ਼ਤਰ ਦੇ ਤਕਨੀਕੀ ਅਤੇ ਕਲੈਰੀਕਲ ਸਟਾਫ਼, ਈ.ਆਰ.ਓਜ਼./ਏ.ਈ.ਆਰ.ਓਜ਼. ਦਫ਼ਤਰਾਂ ਦੇ ਕਰਮਚਾਰੀਆਂ ਅਤੇ ਸੁਪਰਵਾਈਜ਼ਰਾਂ ਨੂੰ ਸਿਖਲਾਈ ਦਿੱਤੀ ਗਈ।

ਚੋਣ ਕਾਨੂੰਨਗੋ ਸੁਰਿੰਦਰ ਬਤਰਾ ਨੇ ਦੱਸਿਆ ਕਿ 15 ਜੂਨ ਤੋਂ 18 ਜੂਨ, 2026 ਤੱਕ ਵਿਧਾਨ ਸਭਾ ਹਲਕਾ ਪੱਧਰ ’ਤੇ ਵੀ ਅਜਿਹੇ ਸਿਖਲਾਈ ਸੈਸ਼ਨ ਕਰਵਾਏ ਜਾਣਗੇ, ਤਾਂ ਜੋ ਸਾਰੇ ਅਧਿਕਾਰੀਆਂ, ਬੀ.ਐੱਲ.ਓਜ਼., ਬੂਥ ਲੈਵਲ ਏਜੰਟਾਂ ਅਤੇ ਹੋਰ ਸਬੰਧਤ ਕਰਮਚਾਰੀਆਂ ਨੂੰ ਐੱਸ.ਆਈ.ਆਰ. ਦੀ ਪ੍ਰਕਿਰਿਆ ਬਾਰੇ ਪੂਰੀ ਜਾਣਕਾਰੀ ਪ੍ਰਦਾਨ ਕੀਤੀ ਜਾ ਸਕੇ।

ਐੱਸ.ਆਈ.ਆਰ. ਦੇ ਕਾਰਜਕ੍ਰਮ ਬਾਰੇ ਜਾਣਕਾਰੀ ਦਿੰਦਿਆਂ ਮਾਸਟਰ ਟਰੇਨਰਾਂ ਨੇ ਦੱਸਿਆ ਕਿ 25 ਜੂਨ ਤੋਂ 24 ਜੁਲਾਈ, 2026 ਤੱਕ ਬੂਥ ਲੈਵਲ ਅਫ਼ਸਰਾਂ (ਬੀ.ਐੱਲ.ਓਜ਼.) ਵੱਲੋਂ ਘਰ-ਘਰ ਜਾ ਕੇ ਐਨੂਮਿਰੇਸ਼ਨ ਫਾਰਮਾਂ ਦੀ ਵੰਡ ਅਤੇ ਇਕੱਤਰ ਕਰਨ ਦਾ ਕੰਮ ਕੀਤਾ ਜਾਵੇਗਾ। ਇਸ ਉਪਰੰਤ 3 ਅਗਸਤ, 2026 ਨੂੰ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਜਾਵੇਗੀ। 3 ਅਗਸਤ ਤੋਂ 2 ਸਤੰਬਰ, 2026 ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ, ਜਿਨ੍ਹਾਂ ਦਾ ਨਿਪਟਾਰਾ 28 ਸਤੰਬਰ, 2026 ਤੱਕ ਕੀਤਾ ਜਾਵੇਗਾ। ਇਸ ਤੋਂ ਬਾਅਦ ਭਾਰਤ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਕਾਰਜਕ੍ਰਮ ਅਨੁਸਾਰ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਜਾਵੇਗੀ।

ਮਾਸਟਰ ਟਰੇਨਰਾਂ ਨੇ ਦੱਸਿਆ ਕਿ ਐੱਸ.ਆਈ.ਆਰ. ਦੌਰਾਨ ਬੀ.ਐੱਲ.ਓਜ਼. ਹਰ ਘਰ ਤੱਕ ਪਹੁੰਚ ਕਰਨਗੇ ਤਾਂ ਜੋ ਕੋਈ ਵੀ ਯੋਗ ਵੋਟਰ ਵੋਟਰ ਸੂਚੀ ਵਿੱਚ ਦਰਜ ਹੋਣ ਤੋਂ ਵਾਂਝਾ ਨਾ ਰਹਿ ਜਾਵੇ ਅਤੇ ਕੋਈ ਵੀ ਅਯੋਗ ਨਾਮ ਸੂਚੀ ਵਿੱਚ ਸ਼ਾਮਲ ਨਾ ਰਹੇ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਗਹਿਰੀ ਸੁਧਾਈ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਬਹੁਤ ਹੀ ਮਹੱਤਵਪੂਰਨ ਅਭਿਆਸ ਹੈ।

ਸਿਖਲਾਈ ਸੈਸ਼ਨ ਦੌਰਾਨ ਭਾਗ ਲੈਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਪੁੱਛੇ ਗਏ ਸਾਰੇ ਸਵਾਲਾਂ ਦੇ ਤਸੱਲੀਬਖ਼ਸ਼ ਜਵਾਬ ਦਿੱਤੇ ਗਏ ਅਤੇ ਫ਼ੀਲਡ ਪੱਧਰ ’ਤੇ ਕੰਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਲੋੜੀਂਦੀ ਵਿਹਾਰਕ ਜਾਣਕਾਰੀ ਵੀ ਸਾਂਝੀ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨਵਦੀਪ ਕੌਰ, ਚੋਣ ਕਾਨੂੰਨਗੋ ਵਰੁਣ ਕੁਮਾਰ, ਜਗਤਾਰ ਸਿੰਘ ਅਤੇ ਏ.ਡੀ.ਐੱਮ. ਦਫ਼ਤਰ ਖਰੜ ਤੋਂ ਸੰਜੀਵ ਕੁਮਾਰ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।

Spread the love