ਚੰਡੀਗੜ੍ਹ, 24 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਆਂਗਨਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਦੇ ਇੱਕ ਵਫ਼ਦ ਨੇ ਅੱਜ ਸੋਸ਼ਲ ਸਕਿਉਰਿਟੀ, ਵੂਮੈਨ ਐਂਡ ਚਾਈਲਡ ਡਿਵੈਲਪਮੈਂਟ ਵਿਭਾਗ ਦੀ ਡਾਇਰੈਕਟਰ ਡਾ. ਸ਼ੇਨਾ ਅਗਰਵਾਲ ਨਾਲ ਮੁਲਾਕਾਤ ਕਰਕੇ ਸੂਬੇ ਭਰ ਦੀਆਂ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਦਰਪੇਸ਼ ਗੰਭੀਰ ਮੁੱਦੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੇ।

ਵਫ਼ਦ ਵਿੱਚ ਯੂਨੀਅਨ ਦੀ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ, ਜਨਰਲ ਸਕੱਤਰ ਸੁਭਾਸ਼ ਰਾਣੀ, ਵਾਈਸ ਪ੍ਰਧਾਨ ਰਣਜੀਤ ਕੌਰ ਅਤੇ ਆਲ ਇੰਡੀਆ ਫੈਡਰੇਸ਼ਨ ਆਫ ਆਂਗਨਵਾੜੀ ਵਰਕਰਜ਼ ਐਂਡ ਹੈਲਪਰਜ਼ ਦੀ ਜਨਰਲ ਸਕੱਤਰ ਉਸ਼ਾ ਰਾਣੀ ਸ਼ਾਮਲ ਸਨ।

ਵਫ਼ਦ ਨੇ ਡਾਇਰੈਕਟਰ ਨੂੰ ਦੱਸਿਆ ਕਿ “ਮਾਵਾਂ ਧੀਆਂ ਸਤਿਕਾਰ ਯੋਜਨਾ” ਦੇ ਤਹਿਤ ਸਰਵਰ ਲਗਾਤਾਰ ਡਾਊਨ ਰਹਿਣ ਕਾਰਨ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਲੋਕਾਂ ਦੇ ਗੁੱਸੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੂਬੇ ਦੇ ਕਈ ਖੇਤਰਾਂ ਵਿੱਚ ਵਰਕਰਾਂ ਨਾਲ ਬਦਸਲੂਕੀ, ਧਮਕੀਆਂ ਅਤੇ ਹਮਲਿਆਂ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਵਿਭਾਗੀ ਨਾਕਾਮੀਆਂ ਅਤੇ ਤਕਨੀਕੀ ਖਾਮੀਆਂ ਦਾ ਭਾਰ ਆਂਗਨਵਾੜੀ ਵਰਕਰਾਂ ਦੇ ਸਿਰ ਮੜ੍ਹਿਆ ਜਾ ਰਿਹਾ ਹੈ, ਜੋ ਕਿ ਬਿਲਕੁਲ ਅਸਵੀਕਾਰਯੋਗ ਹੈ। ਵਫ਼ਦ ਨੇ ਮਜੀਠਾ ਖੇਤਰ ਵਿੱਚ ਆਂਗਨਵਾੜੀ ਵਰਕਰਾਂ ਦੇ ਕੀਤੇ ਗਏ ਗੈਰ-ਨਿਯਮਿਤ ਤਬਾਦਲਿਆਂ ਦਾ ਮਾਮਲਾ ਵੀ ਜ਼ੋਰਦਾਰ ਢੰਗ ਨਾਲ ਉਠਾਇਆ ਅਤੇ ਕਿਹਾ ਕਿ ਜਥੇਬੰਦੀ ਅਜਿਹੇ ਧੱਕੇਸ਼ਾਹੀ ਭਰੇ ਫ਼ੈਸਲਿਆਂ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ।

ਡਾਇਰੈਕਟਰ ਡਾ. ਸ਼ੇਨਾ ਅਗਰਵਾਲ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਵਿਭਾਗ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਲਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਸੰਬੰਧਿਤ ਡਿਪਟੀ ਕਮਿਸ਼ਨਰਾਂ ਨਾਲ ਗੱਲਬਾਤ ਕੀਤੀ ਜਾਵੇਗੀ ਅਤੇ ਸਾਰੇ ਡੀ.ਪੀ.ਓਜ਼ ਨੂੰ ਹਦਾਇਤਾਂ ਜਾਰੀ ਕੀਤੀਆਂ ਜਾਣਗੀਆਂ ਕਿ ਉਹ ਮੌਕੇ ਦਾ ਜਾਇਜ਼ਾ ਲੈ ਕੇ ਵਰਕਰਾਂ ਦੀ ਸੁਰੱਖਿਆ ਯਕੀਨੀ ਬਣਾਉਣ।

ਜਥੇਬੰਦੀ ਦੇ ਆਗੂਆਂ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਜੇਕਰ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਸੁਰੱਖਿਆ ਦਾ ਪ੍ਰਬੰਧ ਨਾ ਕੀਤਾ ਗਿਆ, ਉਨ੍ਹਾਂ ਉੱਪਰ ਰਾਜਨੀਤਿਕ ਜਾਂ ਪ੍ਰਸ਼ਾਸਕੀ ਦਬਾਅ ਬਣਾਉਣਾ ਜਾਰੀ ਰਿਹਾ ਜਾਂ ਹਮਲਿਆਂ ਨੂੰ ਨਾ ਰੋਕਿਆ ਗਿਆ ਤਾਂ ਆਂਗਨਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) “ਮਾਵਾਂ ਧੀਆਂ ਸਤਿਕਾਰ ਯੋਜਨਾ” ਦੇ ਕੰਮ ਦਾ ਮੁਕੰਮਲ ਬਾਈਕਾਟ ਕਰਨ ਤੋਂ ਗੁਰੇਜ਼ ਨਹੀਂ ਕਰੇਗੀ।

ਯੂਨੀਅਨ ਨੇ ਚੇਤਾਵਨੀ ਦਿੱਤੀ ਕਿ ਸਰਕਾਰ ਅਤੇ ਵਿਭਾਗ ਆਂਗਨਵਾੜੀ ਵਰਕਰਾਂ ਨੂੰ ਬਲੀ ਦਾ ਬੱਕਰਾ ਬਣਾਉਣ ਦੀ ਬਜਾਏ ਆਪਣੀਆਂ ਨਾਕਾਮੀਆਂ ਦੀ ਜ਼ਿੰਮੇਵਾਰੀ ਖੁਦ ਲੈਣ। ਆਂਗਨਵਾੜੀ ਵਰਕਰ ਅਤੇ ਹੈਲਪਰ ਪਹਿਲਾਂ ਹੀ ਘੱਟ ਮਾਣਭੱਤੇ, ਵਧਦੇ ਕੰਮ ਦੇ ਬੋਝ ਅਤੇ ਬੁਨਿਆਦੀ ਸਹੂਲਤਾਂ ਦੀ ਘਾਟ ਨਾਲ ਜੂਝ ਰਹੀਆਂ ਹਨ। ਹੁਣ ਉਨ੍ਹਾਂ ਦੀ ਜਾਨ ਅਤੇ ਇੱਜ਼ਤ ਨੂੰ ਖ਼ਤਰੇ ਵਿੱਚ ਪਾ ਕੇ ਕੋਈ ਵੀ ਸਕੀਮ ਨਹੀਂ ਚਲਾਈ ਜਾ ਸਕਦੀ।

Spread the love