ਚੰਡੀਗੜ੍ਹ, 9 ਜੂਨ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਐਂਕਰ:-ਪੰਜਾਬ ਦੇ ਅੱਠ ਜ਼ਿਲ੍ਹਿਆਂ ਨੂੰ ਸੋਮਵਾਰ (9 ਜੂਨ) ਨੂੰ ਲੈਕੇ ਹੀਟਵੇਵ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਮੌਸਮ ਖੁਸ਼ਕ ਰਹੇਗਾ। ਭਾਰਤੀ ਮੌਸਮ ਵਿਭਾਗ (IMD) ਦੇ ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ ਇਸ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦੇ ਅਨੁਸਾਰ ਰਾਜਸਥਾਨ ਦੀ ਸਰਹੱਦ ਨਾਲ ਲੱਗਦੇ ਜ਼ਿਲ੍ਹਿਆਂ: ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਬਰਨਾਲਾ ਅਤੇ ਸੰਗਰੂਰ ਵਿੱਚ ਹੀਟਵੇਵ ਰਹੇਗੀ। ਪਠਾਨਕੋਟ ਵਿੱਚ ਵੀ 44 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਪਿਛਲੇ 24 ਘੰਟਿਆਂ ਦੌਰਾਨ ਸੂਬੇ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ 0.9 ਡਿਗਰੀ ਸੈਲਸੀਅਸ ਵਧਿਆ, ਜੋ ਕਿ ਆਮ ਨਾਲੋਂ 2.3 ​​ਡਿਗਰੀ ਵੱਧ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਸ੍ਰੀ ਆਨੰਦਪੁਰ ਸਾਹਿਬ ਵਿੱਚ 44.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 41.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਕਿ 10 ਜੂਨ ਨੂੰ ਵੀ ਇਸੇ ਤਰ੍ਹਾਂ ਦੇ ਹਾਲਾਤ ਬਣੇ ਰਹਿਣਗੇ। ਹਾਲਾਂਕਿ, 11 ਜੂਨ ਤੋਂ ਮੌਸਮ ਬਦਲਣਾ ਸ਼ੁਰੂ ਹੋ ਜਾਵੇਗਾ ਅਤੇ ਕਈ ਇਲਾਕਿਆਂ ਵਿੱਚ ਮੀਂਹ, ਗਰਜ ਅਤੇ ਗੜੇਮਾਰੀ ਦੀ ਸੰਭਾਵਨਾ ਹੈ।  ਜੂਨ ਦੇ ਪਹਿਲੇ ਹਫ਼ਤੇ ਦੌਰਾਨ ਮਾਲਵਾ ਪੱਟੀ ਵਿੱਚ ਹੋਈ ਹਲਕੀ ਤੋਂ ਦਰਮਿਆਨੀ ਬਰਸਾਤ ਤੋਂ ਬਾਅਦ ਖੇਤਰ ਇੱਕ ਵਾਰ ਫਿਰ ਝੁਲਸਾ ਦੇਣ ਵਾਲੀ ਗਰਮੀ ਦੀ ਚਪੇਟ ਵਿੱਚ ਆ ਗਿਆ ਹੈ। ਬਠਿੰਡਾ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਤਪਦੀ ਧੁੱਪ ਅਤੇ ਗਰਮ ਹਵਾਵਾਂ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋ ਰਿਹਾ ਹੈ। ਦੁਪਹਿਰ ਵੇਲੇ ਤਾਪਮਾਨ ਵਧਣ ਕਾਰਨ ਸੜਕਾਂ ਅਤੇ ਬਾਜ਼ਾਰਾਂ ਵਿੱਚ ਆਵਾਜਾਈ ਕਾਫ਼ੀ ਘੱਟ ਦੇਖਣ ਨੂੰ ਮਿਲ ਰਹੀ ਹੈ ਅਤੇ ਲੋਕ ਆਪਣੇ ਜ਼ਰੂਰੀ ਕੰਮ ਸਵੇਰੇ ਜਾਂ ਸ਼ਾਮ ਦੇ ਸਮੇਂ ਨਿਪਟਾਉਣ ਨੂੰ ਤਰਜੀਹ ਦੇ ਰਹੇ ਹਨ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤਰੀ ਖੋਜ ਕੇਂਦਰ ਬਠਿੰਡਾ ਦੀ ਮੌਸਮ ਵਿਗਿਆਨੀਆਂ ਅਨੁਸਾਰ 10 ਅਤੇ 11 ਜੂਨ ਤੱਕ ਹੀਟਵੇਵ ਦਾ ਅਸਰ ਜਾਰੀ ਰਹੇਗਾ, ਜਦਕਿ 11 ਤੋਂ 14 ਜੂਨ ਤੱਕ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ, ਮੀਂਹ ਅਤੇ ਝੱਖੜ ਆਉਣ ਦੀ ਸੰਭਾਵਨਾ ਹੈ, ਜਿਸ ਨਾਲ ਤਾਪਮਾਨ ਵਿੱਚ 2 ਤੋਂ 4 ਡਿਗਰੀ ਸੈਲਸੀਅਸ ਦੀ ਗਿਰਾਵਟ ਆ ਸਕਦੀ ਹੈ।

Spread the love