ਸਾਹਿਬਜ਼ਾਦਾ ਅਜੀਤ ਸਿੰਘ ਨਗਰ, 07 ਅਪ੍ਰੈਲ 2026:
ਵਿਸ਼ਵ ਸਿਹਤ ਦਿਵਸ ਮੌਕੇ ਅੱਜ ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿਚ ਜਾਗਰੂਕਤਾ ਸਰਗਰਮੀਆਂ ਕੀਤੀਆਂ ਗਈਆਂ ਅਤੇ ਮਰੀਜ਼ਾਂ ਨੂੰ ਵੱਖ-ਵੱਖ ਬੀਮਾਰੀਆਂ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਦੱਸਿਆ ਗਿਆl
ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਦੱਸਿਆ ਕਿ ਹਰ ਸਾਲ 07 ਅਪ੍ਰੈਲ ਨੂੰ ਇਹ ਦਿਨ ਮਨਾਇਆ ਜਾਂਦਾ ਹੈ ਜੋ ਸਾਨੂੰ ਚੰਗੀ ਸਿਹਤ ਦੀ ਅਹਿਮੀਅਤ ਦਾ ਅਹਿਸਾਸ ਕਰਾਉਂਦਾ ਹੈl ਉਨ੍ਹਾਂ ਕਿਹਾ ਕਿ ਇਹ ਮਹਿਜ਼ ਇਕ ਦਿਨ ਨਹੀਂ ਸਗੋਂ ਮੌਕਾ ਹੈ, ਜਦੋਂ ਅਸੀਂ ਅਪਣੇ ਜੀਵਨ ਅਤੇ ਸਮਾਜ ਵਿਚ ਚੰਗੀ ਸਿਹਤ ਨੂੰ ਪਹਿਲ ਦੇ ਸਕਦੇ ਹਾਂ ਅਤੇ ਸਿਹਤਮੰਦ ਤੇ ਖ਼ੁਸ਼ਹਾਲ ਸਮਾਜ ਦੀ ਸਿਰਜਣਾ ਵਿਚ ਅਪਣਾ ਯੋਗਦਾਨ ਪਾ ਸਕਦੇ ਹਾਂl
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਦੀ ਚੰਗੀ ਸਿਹਤ ਲਈ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਹਰ ਪੰਜਾਬ ਵਾਸੀ ਦਾ 10 ਲੱਖ ਰੁਪਏ ਦਾ ਮੁਫ਼ਤ ਸਿਹਤ ਬੀਮਾ ਕੀਤਾ ਜਾ ਰਿਹਾ ਹੈ। ਇਹ ਰਕਮ ਵੱਖ-ਵੱਖ ਬੀਮਾਰੀਆਂ ਦੇ ਇਲਾਜ ਲਈ ਵਰਤੀ ਜਾ ਸਕਦੀ ਹੈ ਤਾਂ ਕਿ ਵਿਅਕਤੀ ਦੀ ਤੰਦਰੁਸਤੀ ਯਕੀਨੀ ਬਣ ਸਕੇ। ਉਨ੍ਹਾਂ ਲੋਕਾਂ ਨੂੰ ਇਸ ਯੋਜਨਾ ਦਾ ਲਾਭ ਲੈਣ ਦੀ ਅਪੀਲ ਕੀਤੀ।
ਡਾ. ਜੈਨ ਨੇ ਆਖਿਆ ਕਿ ਸਾਨੂੰ ਸੰਤੁਲਿਤ ਆਹਾਰ ਲੈਣਾ ਚਾਹੀਦਾ ਹੈ, ਜਿਸ ਵਿੱਚ ਹਰੇ ਸਬਜ਼ੀਆਂ, ਫਲ, ਦਾਲਾਂ ਅਤੇ ਦੁੱਧ ਸ਼ਾਮਲ ਹੋਣ। ਦੂਜਾ, ਸਾਨੂੰ ਹਰ ਰੋਜ਼ ਘੱਟੋ-ਘੱਟ 30 ਮਿੰਟ ਕਸਰਤ ਕਰਨੀ ਚਾਹੀਦੀ ਹੈ। ਤੀਜਾ, ਸਾਨੂੰ ਲੋੜੀਂਦੀ ਨੀਂਦ ਲੈਣੀ ਚਾਹੀਦੀ ਹੈ ਅਤੇ ਮਾਨਸਿਕ ਤਣਾਅ ਤੋਂ ਬਚਣਾ ਚਾਹੀਦਾ ਹੈ।
ਸਮਾਗਮ ਵਿਚ ਸੀਨੀਅਰ ਮੈਡੀਕਲ ਅਫ਼ਸਰ ਡਾ. ਐਚ.ਐਸ.ਚੀਮਾ, ਡਾ. ਪਰਮਿੰਦਰਜੀਤ ਸਿੰਘ, ਡਾ. ਪਰਮਿੰਦਰ ਸੰਧੂ, ਡਾ. ਸਿਫਾਲੀ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ, ਹਰਚਰਨ ਸਿੰਘ, ਨਰਸਿੰਗ ਅਫ਼ਸਰ, ਸੁਖਵਿੰਦਰ ਕੌਰ, ਨਰਸਿੰਗ ਕਾਲਜਾਂ ਦੇ ਵਿਦਿਆਰਥੀ ਮੌਜੂਦ ਸਨ।

Spread the love